National
ਸੁਪਰੀਮ ਕੋਰਟ ਵੱਲੋਂ ਨਿਆਂਇਕ ਅਧਿਕਾਰੀਆਂ ਦੇ ਘਿਰਾਓ ਮਾਮਲੇ ਵਿੱਚ ਸੀ ਬੀ ਆਈ ਅਤੇ ਐਨ ਆਈ ਏ ਜਾਂਚ ਦੇ ਹੁਕਮ
ਕੋਲਕਾਤਾ, 2 ਅਪ੍ਰੈਲ (ਸ.ਬ.) ਸੁਪਰੀਮ ਕੋਰਟ ਨੇ ਸੱਤ ਨਿਆਂਇਕ ਅਧਿਕਾਰੀਆਂ, ਜਿਨ੍ਹਾਂ ਵਿੱਚ ਤਿੰਨ ਮਹਿਲਾਵਾਂ ਵੀ ਸ਼ਾਮਲ ਹਨ, ਨੂੰ ਨਜਾਇਜ਼ ਤੌਰ ਤੇ ਹਿਰਾਸਤ ਵਿੱਚ ਰੱਖਣ ਦੇ ਮਾਮਲੇ ਦੀ ਸੀ ਬੀ ਆਈ ਅਤੇ ਐਨ ਆਈ ਏ ਜਾਂਚ ਦੇ ਹੁਕਮ ਦਿੱਤੇ ਹਨ। ਬੀਤੇ ਦਿਨ ਇਹ ਅਧਿਕਾਰੀ ਪੱਛਮੀ ਬੰਗਾਲ ਵਿੱਚ ਐਸ ਆਈ ਆਰ ਅਭਿਆਸ ਵਿੱਚ ਸ਼ਾਮਲ ਸਨ ਅਤੇ ਮਾਲਦਾ ਜ਼ਿਲ੍ਹੇ ਦੇ ਕਾਲੀਆ ਚੱਕ ਇਲਾਕੇ ਵਿੱਚ ਬੀ ਡੀ ਓ ਦਫ਼ਤਰ ਦੇ ਅੰਦਰ ਇੱਕ ਬੇਲਗਾਮ ਭੀੜ ਵੱਲੋਂ ਕਈ ਘੰਟਿਆਂ ਤੱਕ ਬੰਧਕ ਬਣਾਏ ਗਏ ਸਨ।
ਚੀਫ਼ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਚੋਣ ਕਮਿਸ਼ਨ ਵੱਲੋਂ ਨਿਯੁਕਤ ਕੀਤੀ ਜਾਣ ਵਾਲੀ ਜਾਂਚ ਏਜੰਸੀ ਨੂੰ ਅਗਲੀ ਸੁਣਵਾਈ ਦੀ ਤਰੀਕ ਤੱਕ ਮੁੱਢਲੀ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।
ਚੀਫ਼ ਜਸਟਿਸ ਨੇ ਕਿਹਾ ਕਿ ਇਹ ਘਟਨਾ ਨਾ ਸਿਰਫ਼ ਨਿਆਂਇਕ ਅਧਿਕਾਰੀਆਂ ਨੂੰ ਡਰਾਉਣ-ਧਮਕਾਉਣ ਦੀ ਇੱਕ ਬੇਪਰਵਾਹ ਕੋਸ਼ਿਸ਼ ਹੈ, ਬਲਕਿ ਇਸ ਅਦਾਲਤ ਦੀ ਅਥਾਰਟੀ ਨੂੰ ਵੀ ਚੁਣੌਤੀ ਦਿੰਦੀ ਹੈ। ਇਹ ਕੋਈ ਮਾਮੂਲੀ ਘਟਨਾ ਨਹੀਂ ਸੀ ਬਲਕਿ ਨਿਆਂਇਕ ਅਧਿਕਾਰੀਆਂ ਦਾ ਮਨੋਬਲ ਡੇਗਣ ਅਤੇ ਬਾਕੀ ਬਚੇ ਕੇਸਾਂ ਵਿੱਚ ਇਤਰਾਜ਼ਾਂ ਦੇ ਨਿਪਟਾਰੇ ਦੀ ਚੱਲ ਰਹੀ ਪ੍ਰਕਿਰਿਆ ਨੂੰ ਰੋਕਣ ਲਈ ਇੱਕ ਸੋਚੀ-ਸਮਝੀ ਅਤੇ ਪ੍ਰੇਰਿਤ ਚਾਲ ਜਾਪਦੀ ਹੈ।
ਸੂਬਾ ਸਰਕਾਰ ਦੇ ਅਧਿਕਾਰੀਆਂ ਦੇ ਵਤੀਰੇ ਤੇ ਸਖ਼ਤ ਇਤਰਾਜ਼ ਜਤਾਉਂਦੇ ਹੋਏ ਜਸਟਿਸ ਕਾਂਤ ਨੇ ਕਿਹਾ ਕਿ ਅਸੀਂ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈ ਕੇ ਨਿਆਂਇਕ ਅਧਿਕਾਰੀਆਂ ਵਿਰੁੱਧ ਮਨੋਵਿਗਿਆਨਿਕ ਅਤੇ ਅਪਰਾਧਿਕ ਮਾਣਹਾਨੀ ਕਰਨ ਦੀ ਇਜਾਜ਼ਤ ਨਹੀਂ ਦੇਵਾਂਗੇ। ਇਹ ਪੱਛਮੀ ਬੰਗਾਲ ਸਰਕਾਰ ਵੱਲੋਂ ਡਿਊਟੀ ਦੀ ਅਣਦੇਖੀ ਵੀ ਹੈ ਅਤੇ ਅਧਿਕਾਰੀਆਂ ਨੂੰ ਇਹ ਕਾਰਨ ਦੱਸਣ ਦੀ ਲੋੜ ਹੈ ਕਿ ਸੂਚਨਾ ਮਿਲਣ ਦੇ ਬਾਵਜੂਦ ਉਨ੍ਹਾਂ ਨੇ ਅਧਿਕਾਰੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾਣਾ ਯਕੀਨੀ ਕਿਉਂ ਨਹੀਂ ਬਣਾਇਆ।
ਸੁਪਰੀਮ ਕੋਰਟ ਨੇ ਮੁੱਖ ਸਕੱਤਰ, ਡੀ ਜੀ ਪੀ ਅਤੇ ਮਾਲਦਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਤੇ ਐਸ ਐਸ ਪੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ ਅਤੇ ਇਨ੍ਹਾਂ ਸਾਰੇ ਅਧਿਕਾਰੀਆਂ ਨੂੰ 6 ਅਪਰੈਲ (ਸੋਮਵਾਰ) ਸ਼ਾਮ 4 ਵਜੇ ਆਨਲਾਈਨ ਹਾਜ਼ਰ ਰਹਿਣ ਦੇ ਨਿਰਦੇਸ਼ ਦਿੱਤੇ ਜਾਂਦੇ ਹਨ।
ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਨਿਆਂਇਕ ਅਧਿਕਾਰੀਆਂ ਦੇ ਸੁਰੱਖਿਅਤ ਕੰਮਕਾਜ ਲਈ ਕੇਂਦਰੀ ਬਲ ਤਾਇਨਾਤ ਕਰਨ ਦੇ ਹੁਕਮ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਪੱਛਮੀ ਬੰਗਾਲ ਦੇ ਮਾਲਦਾ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਵਿੱਚੋਂ ਨਾਮ ਕੱਟੇ ਜਾਣ ਦੇ ਵਿਰੋਧ ਵਿੱਚ ਪ੍ਰਦਰਸ਼ਨਕਾਰੀਆਂ ਵੱਲੋਂ 7 ਨਿਆਂਇਕ ਅਧਿਕਾਰੀਆਂ ਦਾ ਬੀ ਡੀ ਓ ਦਫ਼ਤਰ ਵਿੱਚ ਕਈ ਘੰਟਿਆਂ ਤੱਕ ਘਿਰਾਓ ਕੀਤਾ ਗਿਆ ਸੀ, ਜਿਨ੍ਹਾਂ ਨੂੰ ਬਾਅਦ ਵਿੱਚ ਲੰਮੀ ਮੁਸ਼ੱਕਤ ਤੋਂ ਬਾਅਦ ਬਾਹਰ ਕੱਢਿਆ ਗਿਆ।
ਸੁਰੱਖਿਆ ਬਲਾਂ ਨੇ ਬੀਤੀ ਦੇਰ ਰਾਤ ਭੀੜ ਨੂੰ ਖਦੇੜਨ ਲਈ ਲਾਠੀਚਾਰਜ ਕੀਤਾ ਅਤੇ ਤਿੰਨ ਮਹਿਲਾਵਾਂ ਸਮੇਤ ਨਿਆਂਇਕ ਅਧਿਕਾਰੀਆਂ ਨੂੰ ਬਚਾਇਆ। ਐਸ ਆਈ ਆਰ ਪ੍ਰਕਿਰਿਆ ਵਿੱਚ ਵੱਡੇ ਪੱਧਰ ਤੇ ਵੋਟਰਾਂ ਦੇ ਨਾਮ ਹਟਾਉਣ ਦਾ ਦੋਸ਼ ਲਾਉਂਦਿਆਂ ਪ੍ਰਦਰਸ਼ਨਕਾਰੀਆਂ ਨੇ ਬੀਤੇ ਦਿਨ ਨੈਸ਼ਨਲ ਹਾਈਵੇਅ 12 (ਕੋਲਕਾਤਾ-ਸਿਲੀਗੁੜੀ) ਨੂੰ ਵੀ ਜਾਮ ਕਰ ਦਿੱਤਾ ਸੀ।
ਅਧਿਕਾਰੀ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਦੇ ਇੱਕ ਸਮੂਹ ਨੇ ਨਿਆਂਇਕ ਅਧਿਕਾਰੀਆਂ ਨੂੰ ਲੈ ਕੇ ਜਾ ਰਹੇ ਵਾਹਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਵੀ ਕੀਤੀ। ਸਾਡੇ ਕਰਮਚਾਰੀਆਂ ਨੂੰ ਉਨ੍ਹਾਂ ਦੀ ਸੁਰੱਖਿਅਤ ਨਿਕਾਸੀ ਯਕੀਨੀ ਬਣਾਉਣ ਲਈ ਹਲਕੀ ਤਾਕਤ ਦੀ ਵਰਤੋਂ ਕਰਨੀ ਪਈ। ਅਜਿਹੇ ਦੋਸ਼ ਵੀ ਸਨ ਕਿ ਹੰਗਾਮੇ ਦੌਰਾਨ ਵਾਹਨਾਂ ਦੀ ਲਪੇਟ ਵਿੱਚ ਆਉਣ ਕਾਰਨ ਕੁਝ ਪ੍ਰਦਰਸ਼ਨਕਾਰੀ ਜ਼ਖ਼ਮੀ ਹੋ ਗਏ ਸਨ, ਹਾਲਾਂਕਿ ਇਸ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ।
ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਨਿਆਂਇਕ ਅਧਿਕਾਰੀ ਇਸ ਸਮੇਂ ਉਨ੍ਹਾਂ ਵੋਟਰਾਂ ਦੇ ਕੇਸਾਂ ਦੀ ਜਾਂਚ ਕਰ ਰਹੇ ਹਨ ਜਿਨ੍ਹਾਂ ਦੇ ਨਾਮ 28 ਫਰਵਰੀ ਨੂੰ ਪ੍ਰਕਾਸ਼ਿਤ ਵੋਟਰ ਸੂਚੀਆਂ ਵਿੱਚ ਵਿਚਾਰ ਅਧੀਨ ਵਜੋਂ ਚਿੰਨ੍ਹਿਤ ਕੀਤੇ ਗਏ ਸਨ, ਤਾਂ ਜੋ ਇਹ ਤੈਅ ਕੀਤਾ ਜਾ ਸਕੇ ਕਿ ਉਨ੍ਹਾਂ ਨੂੰ ਰੱਖਿਆ ਜਾਣਾ ਚਾਹੀਦਾ ਹੈ ਜਾਂ ਹਟਾਇਆ ਜਾਣਾ ਚਾਹੀਦਾ ਹੈ।
National
ਅਤੀਕ ਅਹਿਮਦ ਦੇ ਛੋਟੇ ਪੁੱਤਰ ਆਬਾਨ ਅਹਿਮਦ ਸਮੇਤ ਦੋ ਵਿਅਕਤੀਆਂ ਦੀ ਸੜਕ ਹਾਦਸੇ ਦੌਰਾਨ ਮੌਤ
ਝਾਂਸੀ, 6 ਅਗਸਤ (ਸ.ਬ.) ਮਾਫ਼ੀਆ ਅਤੀਕ ਅਹਿਮਦ ਦੇ ਛੋਟੇ ਪੁੱਤਰ ਆਬਾਨ ਅਹਿਮਦ ਸਮੇਤ ਦੋ ਲੋਕਾਂ ਦੀ ਅੱਜ ਸਵੇਰੇ ਝਾਂਸੀ-ਕਾਨਪੁਰ ਹਾਈਵੇਅ ਤੇ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ ਝਾਂਸੀ ਜੇਲ੍ਹ ਵਿੱਚ ਬੰਦ ਆਪਣੇ ਭਰਾ ਅਲੀ ਨੂੰ ਮਿਲਣ ਲਈ ਪ੍ਰਯਾਗਰਾਜ ਤੋਂ ਝਾਂਸੀ ਆ ਰਿਹਾ ਸੀ। ਹਾਦਸੇ ਵਿੱਚ ਕਾਰ ਸਵਾਰ ਤਿੰਨ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਪੁਲੀਸ ਨੇ ਸਾਰੇ ਜ਼ਖ਼ਮੀਆਂ ਨੂੰ ਮੈਡੀਕਲ ਕਾਲਜ ਵਿੱਚ ਭਰਤੀ ਕਰਵਾਇਆ ਹੈ।
ਪ੍ਰਤੱਖਦਰਸ਼ੀਆਂ ਅਨੁਸਾਰ ਸਵੇਰੇ ਲਗਭਗ 10:30 ਵਜੇ ਇੱਕ ਤੇਜ਼ ਰਫ਼ਤਾਰ ਕ੍ਰੇਟਾ ਕਾਰ ਝਾਂਸੀ-ਕਾਨਪੁਰ ਹਾਈਵੇਅ ਤੇ ਪ੍ਰਯਾਗਰਾਜ ਤੋਂ ਝਾਂਸੀ ਵੱਲ ਆ ਰਹੀ ਸੀ। ਪੂਛ ਥਾਣਾ ਖੇਤਰ ਦੇ ਖਿੱਲੀ ਪਿੰਡ ਨੇੜੇ ਅਚਾਨਕ ਇੱਕ ਪਸ਼ੂ ਸੜਕ ਤੇ ਆ ਗਿਆ। ਉਸ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ। ਹਾਦਸੇ ਵਿੱਚ ਅਗਲੀ ਸੀਟ ਤੇ ਬੈਠੇ ਆਬਾਨ ਅਹਿਮਦ ਅਤੇ ਸੋਨੂ ਖਾਨ ਦੇ ਸਿਰ ਤੇ ਗੰਭੀਰ ਸੱਟਾਂ ਲੱਗੀਆਂ ਅਤੇ ਉਨ੍ਹਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਹਾਦਸੇ ਵਿੱਚ ਕਾਰ ਸਵਾਰ ਅਹਿਜਮ ਨਿਵਾਸੀ ਬਾਦਸ਼ਾਹੀ ਮੰਡੀ (ਪ੍ਰਯਾਗਰਾਜ), ਮੁਹੰਮਦ ਜ਼ੈਦ ਨਿਵਾਸੀ ਕੋਤਵਾਲੀ, ਉਮਰ ਅਹਿਮਦ ਨਿਵਾਸੀ ਪੂਰਾ ਮੁਫ਼ਤੀ ਜ਼ਖ਼ਮੀ ਹੋ ਗਏ। ਸਾਰੇ ਪ੍ਰਯਾਗਰਾਜ ਦੇ ਰਹਿਣ ਵਾਲੇ ਹਨ। ਸੂਚਨਾ ਮਿਲਦੇ ਹੀ ਪੁਲੀਸ ਮੌਕੇ ਤੇ ਪਹੁੰਚੀ ਅਤੇ ਜ਼ਖ਼ਮੀਆਂ ਨੂੰ ਮੈਡੀਕਲ ਕਾਲਜ ਭੇਜਿਆ। ਐਸ.ਐਸ.ਪੀ. ਬੀ.ਬੀ.ਜੀ.ਟੀ.ਐਸ. ਮੂਰਤੀ ਨੇ ਦੱਸਿਆ ਕਿ ਸ਼ੁਰੂਆਤੀ ਸੂਚਨਾ ਵਿੱਚ ਮ੍ਰਿਤਕ ਦੀ ਪਛਾਣ ਅਤੀਕ ਅਹਿਮਦ ਦੇ ਪੁੱਤਰ ਆਬਾਨ ਅਹਿਮਦ ਵਜੋਂ ਹੋਈ ਹੈ।
National
100 ਸਾਲ ਪੁਰਾਣਾ ਮਕਾਨ ਢਹਿਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ
ਪ੍ਰਤਾਪਗੜ੍ਹ, 6 ਅਗਸਤ (ਸ.ਬ.) ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਜ਼ਿਲ੍ਹੇ ਦੇ ਮਹੂਲੀ ਪਿੰਡ ਵਿੱਚ ਅੱਜ ਤੜਕੇ ਇੱਥੇ ਕਰੀਬ 100 ਸਾਲ ਪੁਰਾਣਾ ਇੱਕ ਖਸਤਾ ਹਾਲ ਮਕਾਨ ਅਚਾਨਕ ਡਿੱਗ ਗਿਆ, ਜਿਸ ਦੇ ਮਲਬੇ ਹੇਠ ਦੱਬਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਇਸ ਭਿਆਨਕ ਹਾਦਸੇ ਵਿੱਚ ਪਰਿਵਾਰ ਦਾ ਸਿਰਫ਼ ਇੱਕ ਮੈਂਬਰ, 28 ਸਾਲਾ ਅਮਨ ਸ਼੍ਰੀਵਾਸਤਵ ਹੀ ਸੁਰੱਖਿਅਤ ਬਚ ਸਕਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਨਗਰ ਕੋਤਵਾਲੀ ਖੇਤਰ ਦੇ ਪਿੰਡ ਮਹੂਲੀ ਵਿੱਚ ਬੀਤੀ ਰਾਤ ਕਰੀਬ 2:00 ਵਜੇ ਵਾਪਰਿਆ। ਉਸ ਸਮੇਂ ਪਰਿਵਾਰ ਦੇ ਸਾਰੇ ਜੀਅ ਘਰ ਅੰਦਰ ਸੌਂ ਰਹੇ ਸਨ। ਮਕਾਨ ਡਿੱਗਣ ਦੀ ਜ਼ੋਰਦਾਰ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਤੁਰੰਤ ਪੁਲੀਸ ਤੇ ਪ੍ਰਸ਼ਾਸਨ ਨੂੰ ਸੂਚਨਾ ਦਿੱਤੀ। ਪੁਲੀਸ, ਫਾਇਰ ਬ੍ਰਿਗੇਡ ਅਤੇ ਰਾਹਤ ਟੀਮਾਂ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਕਈ ਘੰਟਿਆਂ ਤੱਕ ਰੈਸਕਿਊ ਆਪ੍ਰੇਸ਼ਨ ਚਲਾਇਆ ਅਤੇ ਮਲਬੇ ਹੇਠ ਦੱਬੇ ਲੋਕਾਂ ਨੂੰ ਬਾਹਰ ਕੱਢਿਆ।
ਮਲਬੇ ਵਿੱਚੋਂ ਕੱਢੇ ਗਏ ਲੋਕਾਂ ਨੂੰ ਤੁਰੰਤ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ 6 ਵਿਅਕਤੀਆਂ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾਂ ਦੀ ਪਛਾਣ ਪ੍ਰਮੋਦ ਸ਼੍ਰੀਵਾਸਤਵ, ਰੀਤਾ ਸ਼੍ਰੀਵਾਸਤਵ, ਨਿਤਿਨ ਸ਼੍ਰੀਵਾਸਤਵ, ਮਾਧੁਰੀ ਸ਼੍ਰੀਵਾਸਤਵ, ਮਾਧਵ ਅਤੇ ਮਾਸੂਮ ਅਦਵਿਕ ਵਜੋਂ ਹੋਈ ਹੈ।
ਹਾਦਸੇ ਤੋਂ ਬਾਅਦ ਇਲਾਕਾ ਨਿਵਾਸੀਆਂ ਨੇ ਖਸਤਾ ਹਾਲ ਵਿੱਚ ਪਈਆਂ ਪੁਰਾਣੀਆਂ ਇਮਾਰਤਾਂ ਦੀ ਸੁਰੱਖਿਆ ਨੂੰ ਲੈ ਕੇ ਪ੍ਰਸ਼ਾਸਨ ਤੇ ਸਵਾਲ ਚੁੱਕੇ ਹਨ। ਲੋਕਾਂ ਦਾ ਕਹਿਣਾ ਹੈ ਕਿ ਸਮੇਂ ਸਿਰ ਅਜਿਹੀਆਂ ਇਮਾਰਤਾਂ ਨੂੰ ਖਾਲੀ ਨਾ ਕਰਵਾਉਣ ਕਾਰਨ ਅਜਿਹੇ ਵੱਡੇ ਹਾਦਸੇ ਵਾਪਰਦੇ ਹਨ। ਫਿਲਹਾਲ ਪੁਲੀਸ ਨੇ ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਪ੍ਰਸ਼ਾਸਨਿਕ ਅਧਿਕਾਰੀ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ।
National
ਸੁਪਰੀਮ ਕੋਰਟ ਵੱਲੋਂ ਆਸਾਰਾਮ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ
ਨਵੀਂ ਦਿੱਲੀ, 6 ਅਗਸਤ (ਸ.ਬ.) ਸੁਪਰੀਮ ਕੋਰਟ ਨੇ ਅੱਜ ਨਾਬਾਲਗ ਨਾਲ ਜਿਨਸੀ ਸ਼ੋਸ਼ਣ ਦੇ 2013 ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਵੈ-ਘੋਸ਼ਿਤ ਬਾਬਾ ਆਸਾਰਾਮ ਨੂੰ ਫਿਲਹਾਲ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ, ਪਰ ਉਸ ਨੂੰ ਚੌਵੀ ਘੰਟੇ ਸਹਾਇਤਾ ਲਈ ਆਪਣੀ ਪਸੰਦ ਦਾ ਇੱਕ ਸਿਖਲਾਈ ਪ੍ਰਾਪਤ ਦੇਖਭਾਲ ਕਰਨ ਵਾਲਾ ਰੱਖਣ ਦੀ ਇਜਾਜ਼ਤ ਦੇ ਦਿੱਤੀ।
ਜਸਟਿਸ ਐਮ.ਐਮ. ਸੁੰਦਰੇਸ਼ ਅਤੇ ਪੀ.ਬੀ. ਵਾਰਲੇ ਦੇ ਬੈਂਚ ਨੇ ਸਿਹਤ ਦੇ ਆਧਾਰ ਤੇ ਅੰਤਰਿਮ ਜ਼ਮਾਨਤ ਦੀ ਮੰਗ ਕਰਨ ਵਾਲੀ ਆਸਾਰਾਮ ਦੀ ਅਰਜ਼ੀ ਨੂੰ ਪੈਂਡਿੰਗ ਰੱਖਿਆ ਅਤੇ ਉਸਨੂੰ ਖੁੱਲ੍ਹ ਦਿੱਤੀ ਕਿ ਜੇਕਰ ਉਸਦੀ ਸਿਹਤ ਵਿਗੜਦੀ ਹੈ ਤਾਂ ਉਹ ਆਪਣਾ ਕੇਸ ਮੈਨਸ਼ਨ ਕਰ ਸਕਦਾ ਹੈ।
ਸੁਣਵਾਈ ਦੌਰਾਨ ਸੌਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਦਲੀਲ ਦਿੱਤੀ ਕਿ ਆਸਾਰਾਮ ਨੇ ਅਦਾਲਤ ਤੋਂ ਇਹ ਗੱਲ ਛੁਪਾਈ ਹੈ ਕਿ ਉਸਦੇ ਵਕੀਲ ਨੇ ਪੈਰੋਲ ਲਈ ਅਰਜ਼ੀ ਦਾਇਰ ਕੀਤੀ ਸੀ। ਆਸਾਰਾਮ ਦੇ ਵਕੀਲ ਨੇ ਕਿਹਾ ਕਿ ਪੈਰੋਲ ਬਹੁਤ ਪਹਿਲਾਂ ਦਾਇਰ ਕੀਤੀ ਗਈ ਸੀ ਅਤੇ ਇਹ ਸਿਹਤ ਦੇ ਆਧਾਰ ਤੇ ਨਹੀਂ ਦਿੱਤੀ ਗਈ ਸੀ।
ਰਾਜਸਥਾਨ ਹਾਈ ਕੋਰਟ ਨੇ ਇਸ ਤੋਂ ਪਹਿਲਾਂ ਆਸਾਰਾਮ ਨੂੰ 20 ਦਿਨਾਂ ਦੀ ਪੈਰੋਲ ਦਿੰਦਿਆਂ ਕਿਹਾ ਸੀ ਕਿ ਰਾਜ ਸਰਕਾਰ ਉਸਦੀ ਪੈਰੋਲ ਅਰਜ਼ੀ ਨੂੰ ਰੱਦ ਕਰਨ ਦੇ ਆਪਣੇ ਫ਼ੈਸਲੇ ਨੂੰ ਜਾਇਜ਼ ਸਾਬਤ ਕਰਨ ਵਿੱਚ ਅਸਫਲ ਰਹੀ ਹੈ। ਹਾਈ ਕੋਰਟ ਨੇ ਜੋਧਪੁਰ ਸੈਂਟਰਲ ਜੇਲ੍ਹ ਵਿੱਚ ਬੰਦ 85 ਸਾਲਾ ਆਸਾਰਾਮ ਨੂੰ, ਉਸ ਦੀ ਕੈਦ ਦੀ ਮਿਆਦ ਅਤੇ ਅੰਤਰਮ ਰਿਹਾਈ ਦੇ ਪਿਛਲੇ ਸਮੇਂ ਦੌਰਾਨ ਉਸਦੇ ਵਿਵਹਾਰ ਨੂੰ ਧਿਆਨ ਵਿੱਚ ਰੱਖਦਿਆਂ ਰਾਹਤ ਦਿੱਤੀ ਸੀ।
ਸਿਖਰਲੀ ਅਦਾਲਤ ਨੂੰ ਪਹਿਲਾਂ ਸੂਚਿਤ ਕੀਤਾ ਗਿਆ ਸੀ ਕਿ ਏਮਜ਼ ਦੇ ਮਾਹਰਾਂ ਨੇ ਸੁਝਾਅ ਦਿੱਤਾ ਹੈ ਕਿ ਆਸਾਰਾਮ ਨੂੰ ਹਸਪਤਾਲ ਦਾਖਲ ਕਰਨ ਦੀ ਲੋੜ ਨਹੀਂ ਹੈ ਪਰ ਉਸਨੂੰ ਚੌਵੀ ਘੰਟੇ ਡਾਕਟਰੀ ਸਹਾਇਤਾ ਦੀ ਲੋੜ ਹੈ। 21 ਜੁਲਾਈ ਨੂੰ, ਸਿਖਰਲੀ ਅਦਾਲਤ ਨੇ ਏਮਜ਼ ਨੂੰ ਆਸਾਰਾਮ ਦੀ ਸਥਿਤੀ ਦਾ ਮੁਲਾਂਕਣ ਕਰਨ ਲਈ ਇੱਕ ਮੈਡੀਕਲ ਬੋਰਡ ਗਠਿਤ ਕਰਨ ਲਈ ਕਿਹਾ ਸੀ।
ਰਾਜਸਥਾਨ ਹਾਈ ਕੋਰਟ ਨੇ 27 ਮਈ ਨੂੰ 2013 ਵਿੱਚ ਇੱਕ ਨਾਬਾਲਗ ਨਾਲ ਬਲਾਤਕਾਰ ਦੇ ਕੇਸ ਵਿੱਚ ਆਸਾਰਾਮ ਨੂੰ ਸੁਣਾਈ ਗਈ ਦੋਸ਼ੀ ਅਤੇ ਉਮਰ ਕੈਦ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਸੀ। 30 ਜੂਨ ਨੂੰ, ਸਿਖਰਲੀ ਅਦਾਲਤ ਨੇ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਆਸਾਰਾਮ ਦੀ ਅਰਜ਼ੀ ਤੇ ਰਾਜਸਥਾਨ ਸਰਕਾਰ ਤੋਂ ਜਵਾਬ ਮੰਗਿਆ ਸੀ।
-
International2 months agoਕਤਰ ਵਿੱਚ ਗੈਸ ਪਲਾਂਟ ਵਿੱਚ ਧਮਾਕਾ ਹੋਣ ਕਾਰਨ 54 ਵਿਅਕਤੀ ਜ਼ਖ਼ਮੀ, ਕਈ ਲਾਪਤਾ
-
National1 month agoਅਰੁਣਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਕਾਰਨ ਆਇਆ ਹੜ੍ਹ, 3 ਵਿਅਕਤੀ ਲਾਪਤਾ, ਆਵਾਜਾਈ ਪ੍ਰਭਾਵਿਤ
-
Mohali1 month agoਗੁਰਦੁਆਰਾ ਤਾਲਮੇਲ ਕਮੇਟੀ ਵਲੋਂ ਬੱਚਿਆਂ ਦੇ ਗੁਰਬਾਣੀ ਕੰਠ, ਕਵਿਤਾਵਾਂ, ਭਾਸ਼ਣ ਅਤੇ ਦਸਤਾਰ ਸਜਾਉਣ ਦੇ ਮੁਕਾਬਲਿਆਂ ਦਾ ਆਯੋਜਨ
-
Mohali2 months agoਯੂਰੀਆ ਖਾਦ ਨਾ ਮਿਲਣ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ : ਕਿਸਾਨ ਯੂਨੀਅਨ ਸਿੱਧੂਪੁਰ
-
International1 month ago
ਕੈਨੇਡਾ ਵਿੱਚ ਭਾਰਤੀ ਰੈਸਟੋਰੈਂਟ ਤੇ ਫਾਇਰਿੰਗ
-
Punjab2 months agoਅੱਪਰ ਬਾਰੀ ਦੁਆਬ ਨਹਿਰ ਵਿੱਚ ਪਾੜ ਪੈਣ ਕਾਰਨ ਘਰਾਂ ਅਤੇ ਖੇਤਾਂ ਵਿੱਚ ਵੜਿਆ ਪਾਣੀ
-
National1 month agoਜੁੱਤੀਆਂ ਦੇ ਸ਼ੋਅਰੂਮ ਵਿੱਚ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ
-
National1 month agoਹਥਿਆਰਬੰਦ ਬਦਮਾਸ਼ਾਂ ਨੇ ਪਰਿਵਾਰ ਨੂੰ ਬੰਧਕ ਬਣਾ ਕੇ ਸੋਨਾ, ਨਗਦੀ ਅਤੇ ਕੀਮਤੀ ਸਮਾਨ ਲੁਟਿਆ
