Connect with us

Mohali

ਫੇਜ਼-5 ਦੀ ਸਬਜ਼ੀ ਮੰਡੀ ਵਿੱਚ ਗੰਦਗੀ ਦਾ ਅੰਬਾਰ, ਲੋਕਾਂ ਦੀ ਸਿਹਤ ਨਾਲ ਹੋ ਰਿਹਾ ਹੈ ਖਿਲਵਾੜ : ਕੁਲਜੀਤ ਸਿੰਘ ਬੇਦੀ

Published

on

ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਨਾ ਕੀਤੀ ਤਾਂ ਕਾਨੂੰਨੀ ਕਾਰਵਾਈ ਦੀ ਤਿਆਰੀ

ਐਸ ਏ ਐਸ ਨਗਰ, 7 ਅਪ੍ਰੈਲ (ਸ.ਬ.) ਸਥਾਨਕ ਫੇਜ਼-5 ਮੁਹਾਲੀ ਵਿੱਚ ਲੱਗਣ ਵਾਲੀ ਹਫਤਾਵਾਰੀ ਸਬਜ਼ੀ ਮੰਡੀ ਦੀ ਹਾਲਤ ਬੇਹੱਦ ਖਰਾਬ ਹੋ ਚੁੱਕੀ ਹੈ, ਜਿੱਥੇ ਲੋਕ ਤਾਜ਼ੀ ਸਬਜ਼ੀ ਖਰੀਦਣ ਦੀ ਬਜਾਏ ਗੰਦਗੀ ਅਤੇ ਬਦਬੂ ਦੇ ਵਿਚਕਾਰ ਖਰੀਦਦਾਰੀ ਕਰਨ ਲਈ ਮਜਬੂਰ ਹਨ। ਇਸ ਗੰਭੀਰ ਮਸਲੇ ਨੂੰ ਲੈ ਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੌਕੇ ਤੇ ਪਹੁੰਚ ਕੇ ਹਾਲਾਤਾਂ ਦਾ ਜਾਇਜ਼ਾ ਲਿਆ ਅਤੇ ਪ੍ਰਸ਼ਾਸਨ ਤੇ ਤਿੱਖੀ ਨਾਰਾਜ਼ਗੀ ਜਤਾਈ।

ਸz. ਬੇਦੀ ਨੇ ਕਿਹਾ ਕਿ ਮੰਡੀ ਦੇ ਬਿਲਕੁਲ ਨਾਲ ਵੱਡੇ ਪੱਧਰ ਤੇ ਕੂੜੇ ਦੇ ਢੇਰ ਲੱਗੇ ਹੋਏ ਹਨ, ਜਿਨ੍ਹਾਂ ਵਿੱਚ ਸੁੱਕੇ ਅਤੇ ਗਿੱਲੇ ਪੱਤੇ ਇਕੱਠੇ ਹੋ ਕੇ ਢਾਂਗਾਂ ਦਾ ਰੂਪ ਧਾਰ ਚੁੱਕੇ ਹਨ। ਇਨ੍ਹਾਂ ਢੇਰਾਂ ਤੋਂ ਉੱਠ ਰਹੀ ਬਦਬੂ ਕਾਰਨ ਨਾ ਸਿਰਫ਼ ਖਰੀਦਦਾਰ ਪਰੇਸ਼ਾਨ ਹਨ, ਬਲਕਿ ਮੰਡੀ ਵਿੱਚ ਕੰਮ ਕਰਨ ਵਾਲੇ ਸਬਜ਼ੀ ਵਿਕਰੇਤਾਵਾਂ ਨੂੰ ਵੀ ਇਸ ਗੰਦਗੀ ਵਿੱਚ ਕਈ ਘੰਟੇ ਖੜ੍ਹ ਕੇ ਕੰਮ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸੋਮਵਾਰ ਅਤੇ ਸ਼ੁੱਕਰਵਾਰ ਨੂੰ ਲੱਗਣ ਵਾਲੀ ਇਸ ਮੰਡੀ ਵਿੱਚ ਹਜ਼ਾਰਾਂ ਲੋਕ ਖਰੀਦਦਾਰੀ ਕਰਨ ਆਉਂਦੇ ਹਨ, ਪਰ ਮੌਜੂਦਾ ਹਾਲਾਤਾਂ ਨੇ ਇਸਨੂੰ ਖਤਰਨਾਕ ਜਗ੍ਹਾ ਬਣਾ ਦਿੱਤਾ ਹੈ।

ਬੇਦੀ ਨੇ ਕਿਹਾ ਕਿ ਇਹ ਹਾਲਤ ਲੋਕਾਂ ਦੀ ਸਿਹਤ ਲਈ ਵੱਡਾ ਖਤਰਾ ਬਣੀ ਹੋਈ ਹੈ ਅਤੇ ਇਹ ਸ਼ਹਿਰ ਦੀ ਦਿੱਖ ਲਈ ਵੀ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਇੱਥੇ ਹਾਲਾਤ ਇਹ ਹਨ ਕਿ ਸਥਾਨਕ ਸਬਜ਼ੀ ਵਿਕਰੇਤਾ ਆਪਣੀ ਜੇਬ ਵਿੱਚੋਂ ਪੈਸੇ ਇਕੱਠੇ ਕਰਕੇ ਜੇਸੀਬੀ ਮੰਗਵਾਉਂਦੇ ਹਨ ਤਾਂ ਜੋ ਮੰਡੀ ਲਗਾਉਣ ਤੋਂ ਪਹਿਲਾਂ ਕੂੜਾ ਹਟਾਇਆ ਜਾ ਸਕੇ। ਉਨ੍ਹਾਂ ਖਦਸਾ ਜਾਹਿਰ ਕੀਤਾ ਕਿ ਜੇਕਰ ਇਸ ਕੂੜੇ ਵਿੱਚ ਕਿਸੇ ਨੇ ਬੀੜੀ ਜਾਂ ਸਿਗਰਟ ਸੁੱਟ ਦਿੱਤੀ ਤਾਂ ਵੱਡੀ ਅੱਗ ਲੱਗ ਸਕਦੀ ਹੈ, ਜਿਸ ਨਾਲ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਸਕਦਾ ਹੈ।

ਸz. ਬੇਦੀ ਨੇ ਦੱਸਿਆ ਕਿ ਪਿਛਲੇ ਦਿਨੀਂ ਉਹਨਾਂ ਨੇ ਫੇਜ਼-11 ਦਾ ਵੀ ਦੌਰਾ ਕੀਤਾ ਸੀ, ਜਿੱਥੇ ਆਰ ਐਮ ਸੀ ਪੁਆਇੰਟ ਤੇ ਕੂੜੇ ਦੇ ਵੱਡੇ ਢੇਰ ਲੱਗੇ ਹੋਏ ਮਿਲੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਢੇਰਾਂ ਦੀ ਉਚਾਈ ਇੰਨੀ ਵੱਧ ਚੁੱਕੀ ਸੀ ਕਿ ਰੇਲਵੇ ਲਾਈਨ ਤੱਕ ਕੂੜੇ ਦੀਆਂ ਢਾਂਗਾਂ ਪਹੁੰਚ ਗਈਆਂ ਸਨ, ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਹਨਾਂ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਮੁਹਾਲੀ ਲਈ ਫੌਰੀ ਤੌਰ ਤੇ ਕੋਈ ਢੰਗ ਦਾ ਡੰਪਿੰਗ ਗਰਾਊਂਡ ਤਿਆਰ ਕੀਤਾ ਜਾਵੇ, ਤਾਂ ਜੋ ਕੂੜੇ ਦੀ ਇਸ ਵੱਡੀ ਸਮੱਸਿਆ ਦਾ ਪੱਕਾ ਅਤੇ ਲੰਬੇ ਸਮੇਂ ਲਈ ਹੱਲ ਨਿਕਲ ਸਕੇ।

ਇਸ ਮੌਕੇ ਡਿਪਟੀ ਮੇਅਰ ਨੇ ਜ਼ਿਲ੍ਹਾ ਪ੍ਰਸ਼ਾਸਨ, ਨਗਰ ਨਿਗਮ, ਮੰਡੀ ਬੋਰਡ ਅਤੇ ਗਮਾਡਾ ਦੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਲਈ ਕਿਹਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਸਫਾਈ ਦਾ ਪੂਰਾ ਪ੍ਰਬੰਧ ਨਾ ਕੀਤਾ ਗਿਆ ਤਾਂ ਮਾਮਲਾ ਐਨ ਜੀ ਟੀ ਅਤੇ ਹਾਈਕੋਰਟ ਵਿੱਚ ਲਿਜਾਇਆ ਜਾਵੇਗਾ।

Continue Reading

Mohali

ਗਮਾਡਾ ਨੇ ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਨਾਜਾਇਜ਼ ਕਲੋਨੀ ਕੱਟਣ ਵਾਲਿਆਂ ਖਿਲਾਫ ਕੀਤੀ ਕਾਰਵਾਈ

Published

on

By

ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹੀ, ਸੀਵਰੇਜ ਦੀਆਂ ਲਾਈਨਾਂ ਪੁੱਟੀਆਂ

ਐਸ ਏ ਐਸ ਨਗਰ, 29 ਅਕਤੂਬਰ (ਪਵਨ ਰਾਵਤ) ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਕਥਿਤ ਤੌਰ ਤੇ ਨਾਜਾਇਜ਼ ਕਲੋਨੀ ਕੱਟਣ ਅਤੇ ਹਰੇ-ਭਰੇ ਦਰੱਖਤਾਂ ਦੀ ਕਟਾਈ ਦੇ ਮਾਮਲੇ ਵਿੱਚ ਗਮਾਡਾ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਮੌਕੇ ਤੇ ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹ ਦਿੱਤੀ ਗਈ ਅਤੇ ਸੀਵਰੇਜ ਦੀਆਂ ਲਾਈਨਾਂ ਪੁੱਟ ਦਿੱਤੀਆਂ ਗਈਆਂ।

ਗਮਾਡਾ ਦੀ ਰੈਗੁਲੇਟਰੀ ਬ੍ਰਾਂਚ ਦੇ ਐਸ ਡੀ ਓ ਸz. ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਕਾਰਵਾਈ ਨਾਲ ਨਾਜਾਇਜ਼ ਤੌਰ ਤੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਸਖ਼ਤ ਸੰਦੇਸ਼ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਕੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜਿਨ੍ਹਾਂ ਲੋਕਾਂ ਨੇ ਲੋੜੀਂਦੀਆਂ ਮਨਜ਼ੂਰੀਆਂ ਲਏ ਬਿਨਾਂ ਉਸਾਰੀ ਕੀਤੀ ਹੈ, ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਗਲਤਫ਼ਹਿਮੀ ਨਹੀਂ ਰੱਖਣੀ ਚਾਹੀਦੀ ਕਿ ਮਕਾਨ ਬਣ ਜਾਣ ਤੋਂ ਬਾਅਦ ਗਮਾਡਾ ਕੋਈ ਕਾਰਵਾਈ ਨਹੀਂ ਕਰ ਸਕਦਾ। ਜੇਕਰ ਕਿਸੇ ਨੇ ਬਿਨਾਂ ਮਨਜ਼ੂਰੀ ਮਕਾਨ ਬਣਾਇਆ ਹੈ, ਤਾਂ ਗਮਾਡਾ ਵੱਲੋਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

Continue Reading

Mohali

ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਰੋਸ ਧਰਨਾ

Published

on

By

ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਆਪਣੀਆਂ ਲਮਕਦੀਆਂ ਮੰਗਾਂ ਮੰਗਵਾਉਣ ਲਈ ਸz. ਲਛਮਣ ਸਿੰਘ ਗਰੇਵਾਲ ਅਤੇ ਰਾਜਵਿੰਦਰ ਸਿੰਘ ਤਰਸਿੱਕਾ ਦੀ ਅਗਵਾਈ ਵਿੱਚ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫਤਰ (ਵਿਕਾਸ ਭਵਨ ਮੁਹਾਲੀ) ਵਿਖੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਬੁਲਾਰਿਆਂ ਵੱਲੋਂ ਕਿਹਾ ਗਿਆ ਕਿ ਸਰਕਾਰ ਅਤੇ ਵਿਭਾਗ ਉਨ੍ਹਾਂ ਨਾਲ ਮਤਰੇਈ ਮਾਂ ਜਿਹਾ ਸਲੂਕ ਕਰ ਰਿਹਾ ਹੈ। ਪੇ-ਕਮਿਸ਼ਨ ਦੇ ਬਕਾਏ ਜਾਰੀ ਨਹੀਂ ਕੀਤੇ ਜਾ ਰਹੇ, ਬੁਢਾਪਾ ਭੱਤਾ ਪੂਰਾ ਨਹੀਂ ਦਿੱਤਾ ਜਾ ਰਿਹਾ, ਐਲ. ਟੀ. ਸੀ. ਦੀ ਸਹੂਲਤ ਲਾਗੂ ਨਹੀਂ ਕੀਤੀ ਜਾ ਰਹੀ, ਪੈਨਸ਼ਨ ਲਾਉਣ ਲਈ ਕੋਈ ਸਮਾਂ ਸੀਮਾਂ ਨਹੀਂ, ਪੈਨਸ਼ਨ ਸਮੇਂ ਸਿਰ ਨਹੀਂ ਦਿੱਤੀ ਜਾਂਦੀ, ਅਦਾਲਤੀ ਫੈਸਲਿਆਂ ਨੂੰ ਅਪੀਲਾਂ ਰਾਹੀਂ ਲਟਕਾਇਆ ਜਾ ਰਿਹਾ ਹੈ ਅਤੇ ਪੈਨਸ਼ਨ ਸੈਲ ਨੂੰ ਸੂਚਾਰੂ ਬਣਾਉਣ ਲਈ ਯਤਨ ਨਹੀਂ ਕੀਤੇ ਜਾਂਦੇ।

ਉਨ੍ਹਾਂ ਕਿਹਾ ਕਿ ਜੇ ਇਸ ਧਰਨੇ ਉਪਰੰਤ ਵੀ ਕਾਰਗਰ ਕਦਮ ਨਾ ਚੁੱਕੇ ਗਏ ਤਾਂ 25 ਨਵੰਬਰ ਨੂੰ ਮੁੜ ਧਰਨਾ ਲਗਾਇਆ ਜਾਵੇਗਾ। ਧਰਨੇ ਨੂੰ ਪੈਨਸ਼ਨਰ ਆਗੂਆਂ ਲਛਮਣ ਸਿੰਘ ਗਰੇਵਾਲ, ਰਾਜਵਿੰਦਰ ਸਿੰਘ ਤਰਸਿੱਕਾ, ਕੁਲਵੰਤ ਕੌਰ ਬਾਠ, ਗੁਰਮੀਤ ਸਿੰਘ ਭਾਂਖਰਪੁਰ, ਸੁਰਿੰਦਰ ਹਾਟਾ, ਸ਼ੇਰ ਮੁਹੰਮਦ, ਲਖਵਿੰਦਰ ਸਿੰਘ, ਰਾਜਵੰਤ ਸਿੰਘ, ਦਰਸ਼ਨ ਸਿੰਘ, ਮਾਨ ਸਿੰਘ, ਬਲਦੇਵ ਸਿੰਘ, ਮਹਿੰਦਰ ਸਿੰਘ ਭੰਗੂ, ਭਗਵਾਨ ਸਿੰਘ ਤੇ ਜਾਗੀਰ ਸਿੰਘ ਢਿੱਲੋਂ ਆਦਿ ਨੇ ਸੰਬੋਧਨ ਕੀਤਾ।

Continue Reading

Mohali

ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਸਕੱਤਰ ਫੂਡ ਸਪਲਾਈ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ

Published

on

By

ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਸਕੱਤਰ ਫੂਡ ਸਪਲਾਈ ਪੰਜਾਬ ਨੂੰ ਡਿਪਟੀ ਕਮਿਸ਼ਨਰ ਮੁਹਾਲੀ ਰਾਹੀਂ ਮੰਗ ਪੱਤਰ ਦੇ ਕੇ ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਨੇ ਦੱਸਿਆ ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨਾ ਵੇਚਣ ਵਿੱਚ ਮੁਸ਼ਕਲ ਪੇਸ਼ ਆ ਰਹੀ ਹੈ ਕਿਉਂਕਿ ਆੜ੍ਹਤੀਆਂ ਵੱਲੋਂ ਕਿਸਾਨਾਂ ਨੂੰ ਕਿਹਾ ਜਾ ਰਿਹਾ ਹੈ ਕਿ ਸਰਕਾਰ ਦਾ ਖਰੀਦ ਦਾ ਟੀਚਾ ਪੂਰਾ ਹੋ ਜਾਣ ਕਾਰਨ ਸਰਕਾਰ ਵੱਲੋਂ ਖਰੀਦ ਬੰਦ ਕਰ ਦਿੱਤੀ ਗਈ ਹੈ।

ਉਹਨਾਂ ਕਿਹਾ ਕਿ ਕੁਝ ਮੰਡੀਆਂ ਵਿੱਚ ਬਾਰਦਾਨਾ ਮੁਹਈਆ ਨਹੀਂ ਕਰਵਾਇਆ ਜਾ ਰਿਹਾ ਅਤੇ ਕੁਝ ਮੰਡੀਆਂ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਦੱਸ ਕੇ ਕਈ-ਕਈ ਦਿਨਾਂ ਤੋਂ ਖਰੀਦ ਨਹੀਂ ਕੀਤੀ ਜਾ ਰਹੀ। ਉਹਨਾਂ ਲਿਖਿਆ ਹੈ ਕਿ ਸੀਜਨ ਦੇ ਪਹਿਲੇ ਦਿਨ ਤੋਂ ਹੀ ਸਰਕਾਰ ਕਹਿ ਰਹੀ ਹੈ ਕਿ ਝੋਨਾ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ, ਇਸ ਕਰਕੇ ਖਰੀਦ ਬੰਦ ਨਹੀਂ ਕਰਨੀ ਚਾਹੀਦੀ।

ਉਹਨਾਂ ਲਿਖਿਆ ਹੈ ਕਿ ਖੇਤੀਬਾੜੀ ਵਿਭਾਗ ਦੇ ਸਰਵੇ ਅਨੁਸਾਰ ਝਾੜ ਵਿੱਚ ਵਾਧਾ ਹੋਇਆ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਕਿਹਾ ਜਾ ਰਿਹਾ ਹੈ ਪਿਛਲੇ ਸਾਲਾਂ ਦੇ ਸੀਜਨਾਂ ਦੇ ਝਾੜ ਮੁਤਾਬਕ ਖਰੀਦ ਕੀਤੀ ਜਾਵੇਗੀ ਜਦ ਕਿ ਇਸ ਸਾਲ ਝਾੜ ਜਿਆਦਾ ਹੈ। ਪਿਛਲੇ ਸੀਜ਼ਨ ਵਿੱਚ ਤਾਂ ਹੜ੍ਹਾਂ ਅਤੇ ਬਿਮਾਰੀਆਂ ਕਾਰਨ ਫਸਲ ਘੱਟ ਹੁੰਦੀ ਰਹੀ।

ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਨਿਰਵਿਘਨ ਖਰੀਦ ਕੀਤੀ ਜਾਵੇ ਕਿਉਂਕਿ ਜੇਕਰ ਕਿਸਾਨ ਨੂੰ ਮੰਡੀਆਂ ਵਿੱਚ ਵਾਧੂ ਟਾਈਮ ਲੱਗੇਗਾ ਤਾਂ ਕਣਕ ਦੀ ਬਿਜਾਈ ਵੀ ਲੇਟ ਹੋਵੇਗੀ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਖਾਦ ਅਤੇ ਹੋਰ ਖਾਦਾਂ ਦਾ ਪ੍ਰਬੰਧ ਕਰਨ ਲਈ ਵਾਧੂ ਪਰੇਸ਼ਾਨ ਹੋਣਾ ਪੈ ਰਿਹਾ ਹੈ। ਉਪਰੋਕਤ ਮੰਗਾਂ ਤੇ ਤੁਰੰਤ ਧਿਆਨ ਦਿੱਤਾ ਜਾਵੇ ਕਿਸੇ ਵੀ ਦਾਣਾ ਮੰਡੀ ਵਿੱਚ ਖਰੀਦ ਬੰਦ ਨਾ ਕੀਤੀ ਜਾਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਹਰ ਸਿੰਘ ਥੇੜੀ ਪ੍ਰੈਸ ਸਕੱਤਰ ਪੰਜਾਬ, ਹਕੀਕਤ ਸਿੰਘ ਘੜੂੰਆਂ ਜ਼ਿਲ੍ਹਾ ਪ੍ਰੈਸ ਸਕੱਤਰ, ਬਹਾਦਰ ਸਿੰਘ ਨਿਆਮੀਆਂ ਜ਼ਿਲ੍ਹਾ ਜਨਰਲ ਸਕੱਤਰ, ਕੁਲਦੀਪ ਸਿੰਘ ਜਲਾਲਪੁਰ ਬਲਾਕ ਡੇਰਾਬੱਸੀ, ਜਰਨੈਲ ਸਿੰਘ ਦਿਆਲਪੁਰਾ ਬਲਾਕ ਪ੍ਰਧਾਨ ਡੇਰਾਬੱਸੀ, ਬਲਵਿੰਦਰ ਸਿੰਘ ਮਲਕਪੁਰ ਡੇਰਾਬੱਸੀ, ਪ੍ਰੇਮ ਸਿੰਘ ਮੀਰਪੁਰ ਡੇਰਾਬੱਸੀ, ਤਲਵਿੰਦਰ ਸਿੰਘ ਡੇਰਾਬੱਸੀ ਹਾਜ਼ਰ ਸਨ।

Continue Reading

Trending