Connect with us

Editorial

ਵਿਸਾਖੀ : ਖਾਲਸਾ ਸਾਜਨਾ ਦਿਵਸ

Published

on

ਵਿਸਾਖੀ ਦਾ ਪਿਛੋਕੜ:

‘ਵਿਸਾਖੀ’ ਸ਼ਬਦ ਦਾ ਮੂਲ ਸੰਸਕ੍ਰਿਤ ਦੇ ‘ਵੈਸਾਖ’ ਮਹੀਨੇ ਨਾਲ ਜੁੜਿਆ ਹੋਇਆ ਹੈ। ਭਾਰਤੀ ਸੂਰਜੀ ਕੈਲੰਡਰ ਅਨੁਸਾਰ, ‘ਵੈਸਾਖ’ ਨਵੇਂ ਸਾਲ ਦੀ ਸ਼ੁਰੂਆਤ ਮੰਨੀ ਜਾਂਦੀ ਹੈ। ਕੈਲੰਡਰ ਵਿੱਚ ਇਹ ਦਿਨ ਅਪ੍ਰੈਲ ਮਹੀਨੇ ਦੇ ਮੱਧ ਵਿੱਚ ਆਉਂਦਾ ਹੈ, ਜਦੋਂ ਰਬੀ ਦੀ ਫਸਲ, ਖ਼ਾਸ ਕਰਕੇ ਕਣਕ, ਪੂਰੀ ਤਰ੍ਹਾਂ ਤਿਆਰ ਹੋ ਜਾਂਦੀ ਹੈ।

ਸੰਨ 1699ਈ. ਤੋਂ ਪਹਿਲਾਂ ਵੀ, ਵਿਸਾਖੀ ਆਮ ਪੰਜਾਬੀ ਲੋਕਾਂ ਲਈ ਇੱਕ ਮਹੱਤਵਪੂਰਨ ਤਿਉਹਾਰ ਸੀ। ਪਿੰਡਾਂ ਵਿੱਚ ਮੇਲੇ ਲੱਗਦੇ ਸਨ, ਲੋਕ ਗੀਤ ਗਾਏ ਜਾਂਦੇ ਸਨ ਅਤੇ ਭੰਗੜਾ-ਗਿੱਧਾ ਪਾਇਆ ਜਾਂਦਾ ਸੀ। ਇਹ ਤਿਉਹਾਰ ਸਮੂਹਕ ਜੀਵਨ, ਸਾਂਝੀ ਖੁਸ਼ੀ ਅਤੇ ਆਪਸੀ ਭਰੋਸੇ ਨੂੰ ਮਜ਼ਬੂਤ ਕਰਦਾ ਸੀ। ਵਿਸਾਖੀ ਦੇ ਮੇਲੇ ਸਿਰਫ਼ ਮਨੋਰੰਜਨ ਤੱਕ ਸੀਮਿਤ ਨਹੀਂ ਹੁੰਦੇ ਸਨ, ਸਗੋਂ ਇਹ ਪਿੰਡ ਦੀ ਆਰਥਿਕ ਅਤੇ ਸਮਾਜਿਕ ਜ਼ਿੰਦਗੀ ਦਾ ਕੇਂਦਰ ਹੁੰਦੇ ਸਨ। ਵਪਾਰ, ਵਿਆਹ-ਸਬੰਧ ਅਤੇ ਸਮਾਜਿਕ ਫੈਸਲੇ, ਅਕਸਰ ਇਨ੍ਹਾਂ ਮੇਲਿਆਂ ਨਾਲ ਜੁੜੇ ਹੁੰਦੇ ਸਨ।

ਅੱਜ ਵੀ ਅਰਥਵਿਵਸਥਾ ਅਤੇ ਸੱਭਿਆਚਾਰਕ ਪੱਖੋਂ ਵਿਸਾਖੀ ਦੀ ਆਪਣੀ ਇੱਕ ਅਹਿਮੀਅਤ ਹੈ। ਵਿਸਾਖੀ ਕਿਸਾਨੀ ਜੀਵਨ ਦਾ ਕੇਂਦਰ ਹੈ। ਇਹ ਮਨੁੱਖ ਅਤੇ ਕੁਦਰਤ ਦੇ ਸਾਂਝੇ ਰਿਸ਼ਤੇ ਨੂੰ ਉਜਾਗਰ ਕਰਦੀ ਹੈ। ਪੰਜਾਬ ਦੀ ਖੇਤੀਬਾੜੀ ਆਧਾਰਿਤ ਜੀਵਨ-ਪ੍ਰਣਾਲੀ ਵਿੱਚ ਵਿਸਾਖੀ ਖੁਸ਼ਹਾਲੀ, ਸੰਤੋਖ ਅਤੇ ਸ਼ੁਕਰਾਨੇ ਦਾ ਪ੍ਰਤੀਕ ਹੈ। ਖੇਤਾਂ ਵਿੱਚ ਲਹਿਰਾਂ ਮਾਰਦੀ ਸੋਨੇ ਵਰਗੀ ਕਣਕ ਕਿਸਾਨ ਦੀ ਸਾਲ ਭਰ ਦੀ ਮਿਹਨਤ, ਆਸ ਅਤੇ ਧੀਰਜ ਦਾ ਫਲ ਹੁੰਦੀ ਹੈ। ਇਸ ਦਿਨ ਕਿਸਾਨ ਕੁਦਰਤ ਅਤੇ ਅਕਾਲਪੁਰਖ ਦਾ ਧੰਨਵਾਦ ਕਰਦਾ ਹੈ। ਸੱਭਿਆਚਾਰਕ ਤੌਰ ਤੇ, ਪੰਜਾਬੀ ਪਹਿਰਾਵਾ, ਲੋਕਨਾਚ, ਲੋਕਗੀਤ ਅਤੇ ਮੇਲੇ ਵਿਸਾਖੀ ਨੂੰ ਰੰਗੀਨ ਅਤੇ ਜੀਵੰਤ ਬਣਾਉਂਦੇ ਹਨ। ਇਹ ਤਿਉਹਾਰ ਪੀੜ੍ਹੀ-ਦਰ-ਪੀੜ੍ਹੀ ਸੱਭਿਆਚਾਰਕ ਵਿਰਾਸਤ ਨੂੰ ਸਾਂਭ ਕੇ ਰੱਖਦਾ ਹੈ।

ਖ਼ਾਲਸਾ ਸਾਜਨਾ ਦਿਵਸ:

ਸੰਨ 1699ਈ. ਦੀ ਵਿਸਾਖੀ ਨੂੰ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਸਾਹਿਬ ਵਿਖੇ ਖ਼ਾਲਸਾ ਪੰਥ ਦੀ ਸਾਜਨਾ ਕਰਕੇ, ਨਾ ਸਿਰਫ਼ ਸਿੱਖ ਕੌਮ ਨੂੰ ਨਵਾਂ ਸਰੂਪ ਬਖ਼ਸ਼ਿਸ਼ ਕੀਤਾ ਸਗੋਂ ਸਮੁੱਚੀ ਮਨੁੱਖਤਾ ਨੂੰ ਇੱਕ ਨਵੀਂ ਦਿਸ਼ਾ ਦਿੱਤੀ। ”ਖ਼ਾਲਸਾ ਸਾਜਨਾ ਦਿਵਸ” ਮਨੁੱਖੀ ਇਤਿਹਾਸ ਦੀ ਇੱਕ ਅਤਿ ਮਹੱਤਵਪੂਰਨ ਘਟਨਾ ਹੋ ਨਿਬੜੀ ਹੈ। ਇਸ ਇਤਿਹਾਸਕ ਘਟਨਾ ਨੂੰ ਸਮਝਣ ਲਈ, ਉਸ ਸਮੇਂ ਦੇ ਰਾਜਨੀਤਿਕ, ਧਾਰਮਿਕ, ਸਮਾਜਿਕ ਅਤੇ ਆਰਥਿਕ ਹਾਲਾਤਾਂ ਦਾ ਅਧਿਐਨ ਕਰਨਾ ਜ਼ਰੂਰੀ ਹੈ। ਉਸ ਸਮੇਂ ਦੇ ਹਾਲਾਤ ਹੇਠ ਲਿੱਖੇ ਅਨੁਸਾਰ ਸਨ –

ਸਮਕਾਲੀ ਹਾਲਾਤ :

17ਵੀਂ ਸਦੀ ਦੇ ਅੰਤਲੇ ਦੌਰ ਵਿੱਚ ਭਾਰਤ ਤੇ ਮੁਗਲ ਬਾਦਸ਼ਾਹ ਔਰੰਗਜ਼ੇਬ ਦਾ ਰਾਜ ਸੀ। ਉਸਦੀ ਧਾਰਮਿਕ ਨੀਤੀ ਬਹੁਤ ਕਠੋਰ ਅਤੇ ਅਸਹਿਣਸ਼ੀਲ ਮੰਨੀ ਜਾਂਦੀ ਹੈ। ਜ਼ਜ਼ੀਆ ਟੈਕਸ ਦੀ ਮੁੜ ਸ਼ੁਰੂਆਤ (ਸੰਨ 1679ਈ.), ਜ਼ਮੀਂਦਾਰੀ ਪ੍ਰਣਾਲੀ ਅਤੇ ਕਈ ਹਿੰਦੂ ਧਾਰਮਿਕ ਕੇਂਦਰਾਂ ਦੀ ਤਬਾਹੀ ਨੇ ਸਮਾਜ ਵਿੱਚ ਅਸੰਤੋਸ਼ ਵਧਾਇਆ।

ਇਸ ਤੋਂ ਪਹਿਲਾਂ ਕਸ਼ਮੀਰੀ ਪੰਡਤਾਂ ਦੀ ਧਾਰਮਿਕ ਆਜ਼ਾਦੀ ਲਈ, ਸੰਨ 1675ਈ. ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਆਪਣੀ ਸ਼ਹਾਦਤ ਦੇ ਦਿੱਤੀ ਸੀ। ਗੁਰੂ ਸਾਹਿਬ ਜੀ ਦੀ ਸ਼ਹਾਦਤ ਨੇ ਸਿੱਖ ਇਤਿਹਾਸ ਵਿੱਚ ਵੱਡਾ ਮੋੜ ਲਿਆਂਦਾ ਸੀ। ਇਸ ਘਟਨਾ ਨੇ ਸਿੱਖ ਕੌਮ ਵਿੱਚ ਨਿਆਂ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਲਈ ਜਾਗਰੂਕਤਾ ਅਤੇ ਜੁਝਾਰੂ ਭਾਵਨਾ ਨੂੰ ਮਜ਼ਬੂਤ ਕੀਤਾ ਸੀ।

ਮੁਗਲ ਸੱਤਾ ਨਾਲ ਸਿੱਖਾਂ ਦੇ ਟਕਰਾਅ ਪਹਿਲਾਂ ਹੀ ਸ਼ੁਰੂ ਹੋ ਚੁੱਕੇ ਸਨ। ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਸਮੇਂ ਤੋਂ ਹੀ ਮੀਰੀ-ਪੀਰੀ” ਦਾ ਸਿਧਾਂਤ ਮੁਖਰ ਰੂਪ ਵਿੱਚ ਸਥਾਪਿਤ ਹੋ ਗਿਆ ਸੀ, ਜਿਸ ਅਨੁਸਾਰ ਆਤਮਿਕ ਅਤੇ ਸੰਸਾਰੀ ਸ਼ਕਤੀ ਦਾ ਸੁਮੇਲ ਤੇ ਸੰਤੁਲਨ ਜ਼ਰੂਰੀ ਕਰ ਦਿੱਤਾ ਗਿਆ ਸੀ। ਗੁਰੂ ਗੋਬਿੰਦ ਸਿੰਘ ਜੀ ਨੇ ਇਸ ਪਰੰਪਰਾ ਨੂੰ ਹੋਰ ਪਕੇਰਾ ਤੇ ਮਜ਼ਬੂਤ ਕੀਤਾ।

ਸ੍ਰੀ ਅਨੰਦਪੁਰ ਸਾਹਿਬ ਦੇ ਆਲੇ-ਦੁਆਲੇ ਪਹਾੜੀ ਰਾਜਿਆਂ ਦੀਆਂ ਰਿਆਸਤਾਂ ਸਨ। ਇਹ ਰਾਜੇ ਸਿੱਖਾਂ ਦੀ ਵਧਦੀ ਤਾਕਤ ਤੋਂ ਚਿੰਤਤ ਸਨ। ਕਈ ਵਾਰ ਮੁਗਲਾਂ ਅਤੇ ਪਹਾੜੀ ਰਾਜਿਆਂ ਨੇ ਮਿਲ ਕੇ ਗੁਰੂ ਜੀ ਦੇ ਖ਼ਿਲਾਫ਼ ਜੰਗਾਂ ਲੜੀਆਂ। ਇਸ ਕਰਕੇ ਸਿੱਖ ਕੌਮ ਨੂੰ ਸੰਗਠਿਤ ਕਰਕੇ, ਜੰਗਾਂ ਲਈ ਹੋਰ ਮਜ਼ਬੂਤ ਬਣਾਉਣ ਦੀ ਲੋੜ ਮਹਿਸੂਸ ਹੋਈ। ਖ਼ਾਲਸੇ ਦੀ ਸਾਜਨਾ ਨਾਲ ਸਿੱਖਾਂ ਨੂੰ ਇੱਕ ਵਿਲੱਖਣ ਤੇ ਨਿਵੇਕਲੀ ਪਛਾਣ ਮਿਲੀ, ਜਿਸ ਨਾਲ ਉਹ ਕਿਸੇ ਵੀ ਜ਼ੁਲਮ ਦੇ ਖ਼ਿਲਾਫ਼, ਇਕੱਠੇ ਖੜ੍ਹੇ ਹੋ ਕੇ ਟਾਕਰਾ ਕਰਨ ਦੇ ਸਮਰੱਥ ਹੋ ਗਏ ਸਨ।

ਭਾਰਤੀ ਸਮਾਜ ਜਾਤ-ਪਾਤ, ਉੱਚ-ਨੀਚ ਅਤੇ ਛੂਆਛੂਤ ਵਰਗੀਆਂ ਬੁਰਾਈਆਂ ਨਾਲ ਪੀੜਤ ਸੀ। ਧਾਰਮਿਕ ਰਸਮਾਂ ਅਤੇ ਪਖੰਡ ਦਾ ਬੋਲਬਾਲਾ ਸੀ। ਸਮਾਜ ਵਿੱਚ ਨੈਤਿਕ ਕਮਜ਼ੋਰੀ ਅਤੇ ਡਰ ਦਾ ਮਾਹੌਲ ਸੀ। ਖ਼ਾਲਸੇ ਦੀ ਸਾਜਨਾ ਨਾਲ ਗੁਰੂ ਸਾਹਿਬ ਜੀ ਨੇ ਜਾਤੀ-ਭੇਦ ਨੂੰ ਨਕਾਰ ਦਿੱਤਾ। ਗੁਰੂ ਸਾਹਿਬ ਜੀ ਵੱਲੋਂ ਸਾਜੇ ਗਏ ਪੰਜ ਪਿਆਰੇ ਵੱਖ-ਵੱਖ ਜਾਤਾਂ ਅਤੇ ਖੇਤਰਾਂ ਨਾਲ ਸੰਬੰਧਤ ਸਨ। ਇਹ ਸਮਾਜਿਕ ਕ੍ਰਾਂਤੀ ਦਾ ਪ੍ਰਤੀਕ ਸੀ। ਗੁਰੂ ਸਾਹਿਬ ਜੀ ਨੇ ਸਿੰਘ” ਅਤੇ ਕੌਰ” ਨਾਮ ਦੀ ਬਖ਼ਸ਼ਿਸ਼ ਕਰਕੇ, ਸਭ ਨੂੰ ਸਮਾਨਤਾ ਦੀ ਪਛਾਣ ਦਿੱਤੀ।

ਧਾਰਮਿਕ ਪੱਧਰ ਤੇ ਵੀ ਵੱਡੇ ਬਦਲਾਅ ਦੀ ਲੋੜ ਸੀ। ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਨੂੰ ਸਿਰਫ਼ ਸਿਪਾਹੀ ਹੀ ਨਹੀਂ, ਸਗੋਂ ਆਤਮਿਕ ਰੂਪ ਵਿੱਚ ਵੀ ਮਜ਼ਬੂਤ ਬਣਾਇਆ। ਸੰਤ-ਸਿਪਾਹੀ” ਦਾ ਆਦਰਸ਼ ਇੱਕ ਅਜਿਹਾ ਮਾਡਲ ਸੀ, ਜਿਸ ਵਿੱਚ ਭਗਤੀ ਅਤੇ ਸ਼ਕਤੀ ਦੋਹਾਂ ਦਾ ਸੁਮੇਲ ਸੀ। ਖ਼ਾਲਸਾ ਸਾਜਨਾ ਦਿਵਸ ਸਮੇਂ ਕੀਤੇ ਗਏ ਅੰਮ੍ਰਿਤ ਸੰਚਾਰ ਨੇ, ਸਿੱਖਾਂ ਨੂੰ ਇੱਕ ਅਨੁਸ਼ਾਸਿਤ ਜੀਵਨ ਜੀਣ ਲਈ ਪ੍ਰੇਰਿਤ ਕੀਤਾ। ਪੰਜ ਕਕਾਰਾਂ ਨੇ, ਸਿੱਖਾਂ ਨੂੰ ਹਮੇਸ਼ਾਂ ਆਪਣੇ ਆਦਰਸ਼ਾਂ ਦੀ ਯਾਦ ਦਿਵਾਈ।

ਸੰਨ 1699ਈ. ਦੀ ਵਿਸਾਖੀ ਤੋਂ ਬਾਅਦ, ਸਿੱਖ ਕੌਮ ਦੀ ਪਛਾਣ ਵਿਲੱਖਣ ਹੋ ਗਈ ਸੀ। ਇਸ ਨਾਲ ਸਿੱਖਾਂ ਵਿੱਚ ਆਤਮ-ਵਿਸ਼ਵਾਸ ਵਧਿਆ ਅਤੇ ਉਹ ਜ਼ੁਲਮ ਦੇ ਵਿਰੁੱਧ ਡਟ ਕੇ ਖੜ੍ਹੇ ਹੋਏ। ਅਗਲੇ ਸਮਿਆਂ ਵਿੱਚ ਇਹੀ ਖ਼ਾਲਸਾ ਪੰਥ, ਸਿੱਖ ਮਿਸਲਾਂ ਅਤੇ ਆਖ਼ਿਰਕਾਰ ਸਿੱਖ ਰਾਜ ਦੀ ਸਥਾਪਨਾ ਦਾ ਅਧਾਰ ਬਣਿਆ।

ਖ਼ਾਲਸਾ ਸਾਜਨਾ ਦਿਵਸ ਦੇ ਸਮਕਾਲੀ ਹਾਲਾਤ ਰਾਜਨੀਤਿਕ ਅਸਥਿਰਤਾ, ਧਾਰਮਿਕ ਦਬਾਅ ਅਤੇ ਸਮਾਜਿਕ ਅਸਮਾਨਤਾ ਨਾਲ ਭਰੇ ਹੋਏ ਸਨ। ਇਸ ਪ੍ਰਸੰਗ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਖ਼ਾਲਸੇ ਦੀ ਸਾਜਨਾ ਇੱਕ ਆਤਮਿਕ ਅਤੇ ਸਮਾਜਿਕ ਕ੍ਰਾਂਤੀ ਸੀ। ਇਹ ਮਨੁੱਖੀ ਅਧਿਕਾਰਾਂ, ਧਾਰਮਿਕ ਆਜ਼ਾਦੀ ਅਤੇ ਸਮਾਨਤਾ ਦੀ ਰੱਖਿਆ ਲਈ ਇਕ ਇਤਿਹਾਸਕ ਕਦਮ ਸੀ, ਜਿਸ ਨੇ ਸਿੱਖ ਕੌਮ ਨੂੰ ਨਵੀਂ ਤੇ ਵਿਲੱਖਣ ਪਛਾਣ ਦਿੱਤੀ।

ਸੰਨ 1699ਈ. ਦੀ ਵਿਸਾਖੀ, ਇਤਿਹਾਸ ਵਿੱਚ ਇੱਕ ਕ੍ਰਾਂਤੀਕਾਰੀ ਦਿਨ ਵਜੋਂ ਦਰਜ ਹੈ। ਇਸ ਦਿਨ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਅਨੰਦਪੁਰ ਸਾਹਿਬ ਵਿੱਚ ਖਾਲਸਾ ਪੰਥ ਦੀ ਸਾਜਨਾ ਕੀਤੀ। ਇਹ ਘਟਨਾ ਕੇਵਲ ਧਾਰਮਿਕ ਨਹੀਂ, ਸਗੋਂ ਸਮਾਜਿਕ, ਰਾਜਨੀਤਕ ਅਤੇ ਨੈਤਿਕ ਕ੍ਰਾਂਤੀ ਸੀ। ਉਸ ਸਮੇਂ ਭਾਰਤ ਵਿੱਚ ਜਾਤ-ਪਾਤ, ਉੱਚ-ਨੀਚ ਅਤੇ ਧਾਰਮਿਕ ਅੰਧਵਿਸ਼ਵਾਸ ਵਿਆਪਕ ਸਨ। ਜ਼ੁਲਮੀ ਸ਼ਾਸਨ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਆਮ ਗੱਲ ਸੀ। ਕਲਗੀਧਰ ਪਾਤਸ਼ਾਹ ਨੇ ਵਿਸਾਖੀ ਦੇ ਦਿਨ, ਮਨੁੱਖੀ ਗੌਰਵ ਅਤੇ ਆਜ਼ਾਦੀ ਲਈ ਇੱਕ ਨਵਾਂ ਮਾਰਗ ਦਰਸਾਇਆ ਸੀ।

ਖ਼ਾਲਸੇ ਦੀ ਸਾਜਨਾ :

ਕਲਗੀਧਰ ਪਾਤਸ਼ਾਹ ਨੇ ਸੰਨ 1699ਈ. ਦੀ ਵਿਸਾਖੀ ਦੇ ਮੌਕੇ ਤੇ ਖ਼ਾਲਸੇ ਦੀ ਸਾਜਨਾ ਕੀਤੀ। ਇਸ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦਾ ਵੱਡਾ ਇਕੱਠ ਕੀਤਾ ਗਿਆ ਸੀ। ਗੁਰੂ ਸਾਹਿਬ ਜੀ ਨੇ ਇੱਕ ਕੌਤਕ ਵਰਤਾਇਆ। ਆਪ ਜੀ ਹੱਥ ਵਿੱਚ ਨੰਗੀ ਸ਼ਮਸ਼ੀਰ (ਕਿਰਪਾਨ) ਫੜ੍ਹ ਕੇ, ਭਰੇ ਦਰਬਾਰ ਵਿੱਚ ਆਏ ਅਤੇ ਸੀਸ ਦੀ ਮੰਗ ਕੀਤੀ। ਸਾਰੇ ਪਾਸੇ ਚੁੱਪ ਛਾ ਗਈ ਸੀ। ਅਖ਼ੀਰ, ਲਾਹੌਰ ਦੇ ਰਹਿਣ ਵਾਲੇ ਭਾਈ ਦਇਆ ਰਾਮ ਜੀ ਉੱਠੇ ਅਤੇ ਗੁਰੂ ਸਾਹਿਬ ਜੀ ਕੋਲ ਪਹੁੰਚ ਕੇ ਆਪਣਾ ਸੀਸ ਝੁਕਾ ਕੇ ਕਹਿਣ ਲੱਗੇ ਕਿ ਸਤਿਗੁਰੂ ਜੀ! ਮੇਰਾ ਸੀਸ ਹਾਜ਼ਰ ਹੈ। ਗੁਰੂ ਗੋਬਿੰਦ ਸਿੰਘ ਜੀ ਨੇ ਵਾਰੀ ਵਾਰੀ ਪੰਜ ਸਿੱਖਾਂ ਦੇ ਸੀਸ ਦੀ ਮੰਗ ਕੀਤੀ। ਗੁਰੂ ਸਾਹਿਬ ਵੱਲੋਂ ਸੰਗਤ ਅੱਗੇ ਸੀਸ ਦੀ ਮੰਗ ਕਰਨਾ ਕੋਈ ਆਮ ਘਟਨਾ ਨਹੀਂ ਸੀ। ਸਗੋਂ ਇਹ ਤਾਂ ਸਿੱਖਾਂ ਨੂੰ ਆਉਣ ਵਾਲੇ ਸਮੇਂ ਲਈ ਤਿਆਰ ਕਰਨ ਦੀ ਇੱਕ ਜੁਗਤਿ ਸੀ। ਭਾਈ ਦਇਆ ਰਾਮ ਜੀ ਤੋਂ ਬਾਅਦ, ਹਸਤਿਨਾਪੁਰ (ਉੱਤਰ ਪ੍ਰਦੇਸ਼) ਨਿਵਾਸੀ ਭਾਈ ਧਰਮ ਦਾਸ ਜੀ, ਜਗਨਨਾਥ ਪੁਰੀ (ਉੜੀਸਾ) ਨਿਵਾਸੀ ਭਾਈ ਹਿੰਮਤ ਰਾਇ ਜੀ, ਦੁਆਰਕਾ (ਗੁਜਰਾਤ) ਨਿਵਾਸੀ ਭਾਈ ਮੋਹਕਮ ਚੰਦ ਜੀ ਅਤੇ ਬਿਦਰ (ਕਰਨਾਟਕਾ) ਨਿਵਾਸੀ ਭਾਈ ਸਾਹਿਬ ਚੰਦ ਜੀ ਨੇ ਆ ਕੇ, ਗੁਰੂ ਸਾਹਿਬ ਜੀ ਦੇ ਚਰਨਾਂ ਵਿੱਚ ਆਪਣੇ ਸੀਸ ਭੇਟ ਕੀਤੇ। ਇਹ ਮਨੁੱਖੀ ਮਨ ਦੀ ਕਸੌਟੀ ਸੀ। ਪੰਜ ਸਿੱਖਾਂ ਦਾ ਅੱਗੇ ਆਉਣਾ ਸ਼ਹਾਦਤ, ਨਿਡਰਤਾ ਅਤੇ ਪੂਰਨ ਸਮਰਪਣ ਦਾ ਪ੍ਰਤੀਕ ਸੀ।

ਕਲਗੀਧਰ ਪਾਤਸ਼ਾਹ ਜੀ ਨੇ ਇਹਨਾਂ ਪੰਜ ਸਿੱਖਾਂ ਨੂੰ ਅੰਮ੍ਰਿਤ ਦੀ ਦਾਤ ਦਿੱਤੀ ਅਤੇ ਇਹਨਾਂ ਸਿੱਖਾਂ ਨੂੰ ”ਪੰਜ ਪਿਆਰਿਆਂ” ਦਾ ਖ਼ਿਤਾਬ ਬਖ਼ਸ਼ਿਸ਼ ਕੀਤਾ। ਅੰਮ੍ਰਿਤ ਛਕਾਉਣ ਤੋਂ ਬਾਅਦ, ਗੁਰੂ ਸਾਹਿਬ ਜੀ ਨੇ ਜਾਤਾਂ-ਪਾਤਾਂ ਦਾ ਭੇਦ ਮਿਟਾ ਕੇ, ਇਹਨਾਂ ਪੰਜ ਪਿਆਰਿਆਂ ਦੇ ਨਾਵਾਂ ਨਾਲ ”ਸਿੰਘ” ਲਗਾ ਦਿੱਤਾ ਅਤੇ ਇਹਨਾਂ ਨੂੰ ਭਾਈ ਦਇਆ ਸਿੰਘ, ਭਾਈ ਧਰਮ ਸਿੰਘ, ਭਾਈ ਹਿੰਮਤ ਸਿੰਘ, ਭਾਈ ਮੋਹਕਮ ਸਿੰਘ ਤੇ ਭਾਈ ਸਾਹਿਬ ਸਿੰਘ ਬਣਾ ਦਿੱਤਾ। ਇਹ ਪੰਜੇ ਸਿੱਖ ਵੱਖ-ਵੱਖ ਜਾਤਾਂ ਅਤੇ ਖੇਤਰਾਂ ਤੋਂ ਸਨ ਜੋ ਇਸ ਗੱਲ ਦਾ ਪ੍ਰਮਾਣ ਹੈ ਕਿ ਖਾਲਸਾ ਪੰਥ ਜਾਤ-ਪ੍ਰਥਾ ਦੇ ਖ਼ਿਲਾਫ਼ ਇੱਕ ਮਜ਼ਬੂਤ ਐਲਾਨ ਸੀ।

ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾਉਣ ਤੋਂ ਬਾਅਦ, ਗੁਰੂ ਸਾਹਿਬ ਜੀ ਨੇ ਇਹਨਾਂ ਪੰਜ ਪਿਆਰਿਆਂ ਪਾਸੋਂ ਅੰਮ੍ਰਿਤ ਛਕਣ ਦੀ ਜਾਚਨਾ ਕੀਤੀ ਅਤੇ ਅੰਮ੍ਰਿਤ ਦੀ ਦਾਤ ਬਖ਼ਸ਼ਿਸ਼ ਕਰਨ ਲਈ ਬੇਨਤੀ ਕੀਤੀ। ਇੰਝ ਗੁਰੂ ਸਾਹਿਬ ਜੀ ਪੰਜ ਪਿਆਰਿਆਂ ਪਾਸੋਂ ਅੰਮ੍ਰਿਤਪਾਨ ਕਰਕੇ, ਗੋਬਿੰਦ ਰਾਇ ਤੋਂ ਗੋਬਿੰਦ ਸਿੰਘ ਬਣੇ। ਇਹ ਇੱਕ ਵਿਲੱਖਣ ਤੇ ਨਿਵੇਕਲੀ ਇਤਿਹਾਸਕ ਘਟਨਾ ਸੀ ਜਦੋਂ ਇੱਕ ਗੁਰੂ ਨੇ ਆਪਣੇ ਹੀ ਸਿੱਖਾਂ ਪਾਸੋਂ ਇੱਕ ਜਾਚਕ ਦੀ ਤਰ੍ਹਾਂ ਅੰਮ੍ਰਿਤ ਛਕਣ ਦੀ ਜਾਚਨਾ ਕੀਤੀ ਸੀ ਅਤੇ ”ਗੁਰੂ – ਚੇਲੇ” ਦੀ ਪਰੰਪਰਾ ਨੂੰ ਇੱਕ ਨਵਾਂ ਰੂਪ ਦੇ ਦਿੱਤਾ ਸੀ।

‘ਖੰਡੇ ਦੀ ਪਾਹੁਲ’ ਰਾਹੀਂ ਅੰਮ੍ਰਿਤ ਸੰਸਕਾਰ ਦੀ ਸ਼ੁਰੂਆਤ, ਸਿੱਖ ਧਰਮ ਨੂੰ ਵਿਹਾਰਕ ਰੂਪ ਵਿੱਚ ਸੰਗਠਿਤ ਕਰਦੀ ਹੈ। ‘ਸਿੰਘ’ ਅਤੇ ‘ਕੌਰ’ ਦੀ ਉਪਾਧੀ ਰਾਹੀਂ ਗੁਰੂ ਸਾਹਿਬ ਨੇ ਨਾਰੀ-ਪੁਰਖ ਸਮਾਨਤਾ ਨੂੰ ਮਜ਼ਬੂਤ ਕੀਤਾ। ਪੰਜ ਕਕਾਰ ਸਿੱਖ ਜੀਵਨ ਦੇ ਆਤਮਿਕ ਅਤੇ ਨੈਤਿਕ ਅਨੁਸ਼ਾਸਨ ਦਾ ਪ੍ਰਤੀਕ ਹਨ। ਇਹ ਸਿਰਫ਼ ਨਿਸ਼ਾਨ ਨਹੀਂ, ਸਗੋਂ ਇੱਕ ਜੀਵਨ-ਦਰਸ਼ਨ ਹਨ।

ਇੰਝ ਵਿਸਾਖੀ ਸਿੱਖ ਧਰਮ, ਪੰਜਾਬੀ ਸਭਿਆਚਾਰ ਅਤੇ ਭਾਰਤੀ ਉਪ-ਮਹਾਂਦੀਪ ਦੇ ਇਤਿਹਾਸ ਵਿੱਚ ਇੱਕ ਵਿਲੱਖਣ ਅਤੇ ਮਹਾਨ ਤਿਉਹਾਰ ਬਣ ਗਿਆ ਹੈ। ਇਹ ਸਿਰਫ਼ ਇੱਕ ਮੌਸਮੀ ਜਾਂ ਖੇਤੀਬਾੜੀ ਦਾ ਤਿਉਹਾਰ ਨਹੀਂ ਸਗੋਂ ਆਤਮਿਕ ਜਾਗਰੂਕਤਾ, ਸਮਾਜਿਕ ਕ੍ਰਾਂਤੀ ਅਤੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਦਾ ਪ੍ਰਤੀਕ ਹੈ। ਵਿਸਾਖੀ ਦਾ ਦਿਨ ਖ਼ਾਲਸਾ ਪੰਥ ਦੀ ਸਾਜਨਾ, ਸਿੱਖ ਦਰਸ਼ਨ ਦੀ ਵਿਹਾਰਕ ਅਭਿਵਿਅਕਤੀ ਅਤੇ ਸਰਬੱਤ ਦੇ ਭਲੇ ਦੇ ਸੰਕਲਪ ਨਾਲ ਗਹਿਰਾਈ ਨਾਲ ਜੁੜਿਆ ਹੋਇਆ ਹੈ।

ਚੋਣਵੀਆਂ ਪ੍ਰੇਰਨਾਵਾਂ:

ਸੰਨ 1699 ਈ. ਦੀ ਵਿਸਾਖੀ ਵਾਲੇ ਦਿਨ ਕਲਗੀਧਰ ਪਾਤਿਸ਼ਾਹ ਨੇ ਖ਼ਾਲਸੇ ਦੀ ਸਾਜਨਾ ਕੀਤੀ। ਇਸ ਸਮੁੱਚੇ ਬ੍ਰਿਤਾਂਤ ਵਿੱਚੋਂ ਸਾਨੂੰ ਬਹੁਤ ਸਾਰੀਆਂ ਪ੍ਰੇਰਨਾਵਾਂ ਮਿਲਦੀਆ ਹਨ। ਇਹਨਾਂ ਵਿੱਚੋਂ ਚੋਣਵੀਆਂ ਪ੍ਰੇਰਨਾਵਾਂ ਪਾਠਕਾਂ ਦੇ ਸਨਮੁੱਖ ਰੱਖਣ ਦਾ ਯਤਨ ਕਰ ਰਿਹਾ ਹਾਂ ਜੀ।

ਜਦੋਂ ਕਲਗੀਧਰ ਪਾਤਿਸ਼ਾਹ ਨੇ ਹੱਥ ਵਿੱਚ ਨੰਗੀ ਸ਼ਮਸ਼ੀਰ ਫੜ ਕੇ, ਭਰੇ ਦਰਬਾਰ ਵਿੱਚ ਪਹਿਲੇ ਸੀਸ ਦੀ ਮੰਗ ਕੀਤੀ ਤਾਂ ਭਾਈ ਦਇਆ ਰਾਮ ਜੀ ਸੀਸ ਦੇਣ ਲਈ ਨਿੱਤਰੇ। ਭਾਈ ਦਇਆ ਰਾਮ ਜੀ ਦਾ ਕਿੰਨਾਂ ਵੱਡਾ ਜਿਗਰਾ ਹੋਵੇਗਾ ਜੋ ਕਿ ਸਾਹਮਣੇ ਮੌਤ ਦੇਖ ਕੇ ਵੀ ਆਪਣਾ ਸੀਸ ਭੇਟ ਕਰਨ ਲਈ ਨਿੱਤਰੇ। ਦੂਜਾ, ਭਾਈ ਦਇਆ ਰਾਮ ਜੀ ਦਾ ਕਲਗੀਧਰ ਪਾਤਿਸ਼ਾਹ ‘ ਤੇ ਕਿੰਨਾਂ ਭਰੋਸਾ ਹੋਵੇਗਾ, ਕਲਗੀਧਰ ਪਾਤਿਸ਼ਾਹ ਪ੍ਰਤੀ ਕਿੰਨਾਂ ਪਿਆਰ ਤੇ ਸਤਿਕਾਰ ਹੋਵੇਗਾ ਜੋ ਕਿ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ, ਸੀਸ ਭੇਟ ਕਰਨ ਲਈ ਤਿਆਰ ਹੋ ਗਏ। ਇਸੇ ਤਰ੍ਹਾਂ ਭਾਈ ਧਰਮ ਦਾਸ ਜੀ, ਹਿੰਮਤ ਰਾਇ ਜੀ, ਭਾਈ ਮੋਹਕਮ ਚੰਦ ਜੀ ਅਤੇ ਭਾਈ ਸਾਹਿਬ ਚੰਦ ਜੀ ਨੇ ਬਹਾਦਰੀ ਅਤੇ ਕਲਗੀਧਰ ਪਾਤਿਸ਼ਾਹ ਤੇ ਆਪਣੇ ਭਰੋਸੇ ਦਾ ਪ੍ਰਗਟਾਵਾ ਕਰਦੇ ਹੋਏ, ਆਪਣੇ ਸੀਸ ਗੁਰੂ ਸਾਹਿਬ ਜੀ ਨੂੰ ਭੇਟ ਕਰ ਦਿੱਤੇ।

ਕਲਗੀਧਰ ਪਾਤਿਸ਼ਾਹ ਨੇ ਤਾਂ ਫਿਰ ਕਮਾਲ ਹੀ ਕਰ ਦਿੱਤੀ। ਸਿੱਖਾਂ ਨੂੰ ਨਵਾਂ ਰੂਪ ਬਖ਼ਸ਼ ਕੇ, ਨਾ ਸਿਰਫ਼ ਖਾਲਸੇ ਦੀ ਸਾਜਨਾ ਹੀ ਕੀਤੀ ਸਗੋਂ ਆਪ ਓਹਨਾਂ ਪੰਜ ਪਿਆਰਿਆਂ ਪਾਸੋਂ ਅੰਮ੍ਰਿਤ ਦੀ ਦਾਤ ਮੰਗ ਕੇ, ਸਮੁੱਚੀ ਖ਼ਲਕਤ ਦੇ ਸਾਹਮਣੇ, ਅੰਮ੍ਰਿਤ ਦੀ ਮਹਾਨਤਾ ਅਤੇ ਪੰਜ ਪਿਆਰਿਆਂ ਦਾ ਰੁਤਬਾ, ਦੋਹਾਂ ਦਾ ਪ੍ਰਗਟਾਵਾ ਕਰ ਦਿੱਤਾ। ਗੁਰੂ ਸਾਹਿਬ ਜੀ ਨੇ ਪੰਜ ਪਿਆਰਿਆਂ ਪਾਸੋਂ ਅੰਮ੍ਰਿਤ ਦੀ ਦਾਤ ਦੀ ਜਾਚਨਾ ਕਰਕੇ, ਗੁਰੂ – ਚੇਲੇ ਦੀ ਪਰੰਪਰਾ ਨੂੰ ਨਵਾਂ ਰੂਪ ਦੇ ਦਿੱਤਾ। ਇਸ ਦੀ ਮਿਸਾਲ ਦੁਨੀਆ ਦੇ ਇਤਿਹਾਸ ਵਿੱਚ ਕਿਤੇ ਹੋਰ ਨਹੀਂ ਮਿਲਦੀ। ਖ਼ਾਲਸੇ ਦੀ ਸਾਜਨਾ ਇੱਕ ਅਜਿਹੀ ਘਟਨਾ ਸੀ, ਜਿਸ ਨੇ ਸਮਾਜ ਦੀ ਨੁਹਾਰ ਬਦਲ ਕੇ ਰੱਖ ਦਿੱਤੀ। ਇੱਕ ਐਸਾ ਕਰਿਸ਼ਮਾ ਹੋਇਆ ਕਿ ਸਮਾਜ ਅੰਦਰ ਅਣਖ ਜਾਗ ਗਈ। ਆਮ ਲੋਕਾਂ ਅੰਦਰ ਐਸੀ ਊਰਜਾ ਦਾ ਸੰਚਾਰ ਹੋਇਆ ਕਿ ਵੈਰੀ ਥਰ-ਥਰ ਕੰਬਣ ਲੱਗਾ। ਇਹ ਕਿਸੇ ਕਰਾਮਾਤ ਤੋਂ ਘੱਟ ਨਹੀਂ ਸੀ।

ਸਾਰ :

ਵਿਸਾਖੀ ਸਿਰਫ਼ ਇੱਕ ਤਿਉਹਾਰ ਨਹੀਂ ਸਗੋਂ ਇੱਕ ਜੀਵਨ-ਦਰਸ਼ਨ ਹੈ। ਇਹ ਸਾਨੂੰ ਆਪਣੇ ਇਤਿਹਾਸ, ਧਰਮ ਅਤੇ ਸਮਾਜਿਕ ਜ਼ਿੰਮੇਵਾਰੀਆਂ ਨਾਲ ਜੋੜਦੀ ਹੈ। ਖਾਲਸਾ ਪੰਥ ਦੀ ਸਾਜਨਾ ਰਾਹੀਂ ਮਿਲਿਆ ਸੰਦੇਸ਼, ਅੱਜ ਵੀ ਉਤਨਾ ਹੀ ਪ੍ਰਾਸੰਗਿਕ ਹੈ, ਜਿੰਨਾ ਸੰਨ 1699 ਵਿੱਚ ਸੀ। ਖਾਲਸਾ ਸਾਜਨਾ ਦਿਵਸ, ਸਿੱਖ ਨੂੰ ਸੰਤ-ਸਿਪਾਹੀ ਬਣਨ ਦੀ ਪ੍ਰੇਰਣਾ ਕਰਦਾ ਹੈ। ਇਹ ਪਾਵਨ ਦਿਵਸ ਸਾਨੂੰ ਯਾਦ ਕਰਵਾਉਂਦਾ ਹੈ ਕਿ ਸੱਚ, ਨਿਆਂ ਅਤੇ ਸਰਬੱਤ ਦੇ ਭਲੇ ਲਈ ਖੜ੍ਹਾ ਹੋਣਾ ਹੀ ਮਨੁੱਖੀ ਜੀਵਨ ਦੀ ਸਾਰਥਕਤਾ ਹੈ। ਅੱਜ ਦੇ ਸਮੇਂ ਵਿੱਚ ‘ਖ਼ਾਲਸਾ ਸਾਜਨਾ ਦਿਵਸ’ ਸਾਨੂੰ ਮਨੁੱਖੀ ਅਧਿਕਾਰਾਂ, ਸਮਾਨਤਾ ਅਤੇ ਨਿਆਂ ਲਈ ਸਰਗਰਮ ਹੋਣ ਦੀ ਪ੍ਰੇਰਣਾ ਦਿੰਦਾ ਹੈ। ‘ਸਰਬੱਤ ਦਾ ਭਲਾ’ ਖ਼ਾਲਸਾ ਸਾਜਨਾ ਦਿਵਸ ਦਾ ਕੇਂਦਰੀ ਸੰਦੇਸ਼ ਹੈ। ਇਹ ਸੰਕਲਪ ਵਿਸ਼ਵ ਸ਼ਾਂਤੀ ਅਤੇ ਮਨੁੱਖੀ ਏਕਤਾ ਲਈ ਬਹੁਤ ਮਹੱਤਵਪੂਰਨ ਹੈ। ਇਹ ਦਿਵਸ ਸਾਨੂੰ ਨਿਡਰਤਾ, ਸੇਵਾ, ਤਿਆਗ ਅਤੇ ਸੱਚ ਦੇ ਮਾਰਗ ਤੇ ਚੱਲਣ ਦੀ ਸਿੱਖਿਆ ਦਿੰਦਾ ਹੈ। ਇਸ ਦਿਵਸ ਦੀ ਮਹਾਨਤਾ ਨੂੰ ਸੰਸਾਰ ਪੱਧਰ ਤੇ ਪ੍ਰਚਾਰਤ ਤੇ ਪ੍ਰਸਾਰਤ ਕਰਨਾ, ਸਾਡਾ ਸਭਨਾਂ ਦਾ ਮੁੱਢਲਾ ਫ਼ਰਜ਼ ਹੈ।

ਪਰਮਜੀਤ ਸਿੰਘ ਸੁਚਿੰਤਨ

9779124500

Continue Reading

Editorial

ਦੇਸ਼ ਦੀਆਂ ਅਦਾਲਤਾਂ ਵਿੱਚ ਜੜ੍ਹਾਂ ਮਜਬੂਤ ਕਰਦੇ ਭ੍ਰਿਸ਼ਟਾਚਾਰ ਨੂੰ ਕਾਬੂ ਕੀਤਾ ਜਾਣਾ ਜਰੂਰੀ

Published

on

By

ਸਾਡੇ ਦੇਸ਼ ਵਿੱਚ ਅਦਾਲਤਾਂ ਨੂੰ ਇਨਸਾਫ ਦੇ ਮੰਦਰਾਂ ਦਾ ਦਰਜਾ ਹਾਸਿਲ ਹੈ ਪਰੰਤੂ ਇਸ ਵੇਲੇ ਹਾਲਤ ਕਮੋਬੇਸ਼ ਅਜਿਹੇ ਹੀ ਹਨ ਕਿ ਅਦਾਲਤਾਂ ਵਿੱਚ ਵੀ ਭ੍ਰਿਸ਼ਟਾਚਾਰ ਦੀਆਂ ਜੜ੍ਹਾਂ ਲਗਾਤਾਰ ਪੱਕੀਆਂ ਹੋ ਰਹੀਆਂ ਹਨ ਅਤੇ ਅਦਾਲਤਾਂ ਵਿੱਚ ਕੰਮ ਕਰਨ ਵਾਲੇ ਜਿਆਦਾਤਰ ਅਧਿਕਾਰੀ, ਕਰਮਚਾਰੀ ਸਮੇਤ ਵਕੀਲ ਅਤੇ ਉਹਨਾਂ ਦੇ ਸਹਿਯੋਗੀ ਕਰਮਚਾਰੀ ਭ੍ਰਿਸ਼ਟਾਚਾਰ ਦੀ ਇਸ ਨਦੀ ਵਿੱਚ ਗੋਤੇ ਲਗਾਉਂਦੇ ਦਿਖਦੇ ਹਨ ਜਿਸ ਕਾਰਨ ਆਮ ਜਨਤਾ ਬੁਰੀ ਤਰ੍ਹਾਂ ਤ੍ਰਸਤ ਹੈ। ਲੋਕਾਂ ਦੀ ਸਭਤੋਂ ਵੱਡੀ ਸਮੱਸਿਆ ਇਹ ਹੈ ਕਿ ਜੇਕਰ ਇਨਸਾਫ ਦੇ ਇਹਨਾਂ ਮੰਦਰਾਂ ਵਿੱਚ ਵੀ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੋ ਜਾਵੇ ਤਾਂ ਉਹ ਕਿੱਥੇ ਜਾ ਕੇ ਫਰਿਆਦ ਕਰਨ। ਹਾਲਾਂਕਿ ਅਦਾਲਤਾਂ ਵਿੱਚ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਤਾਂ ਬਹੁਤ ਪੁਰਾਣੀਆਂ ਹਨ ਪਰੰਤੂ ਹੁਣ ਇਹਨਾਂ ਵਿੱਚ ਵਾਧਾ ਹੋਣ ਕਾਰਨ ਲੋਕ ਇਸਦੀ ਖੁੱਲ੍ਹੇਆਮ ਸ਼ਿਕਾਇਤ ਕਰਨ ਲੱਗ ਗਏ ਹਨ।

ਜੇਕਰ ਅਦਾਲਤਾਂ ਵਿੱਚ ਫੈਲੇ ਭ੍ਰਿਸ਼ਟਾਚਾਰ ਦੀ ਗੱਲ ਕੀਤੀ ਜਾਵੇ ਤਾਂ ਇਸਦੀ ਸ਼ੁਰੂਆਤ ਅਰਜੀ ਨਵੀਸਾਂ, ਅਸਟਾਮ ਫਰੋਸਾਂ ਅਤੇ ਟਾਈਪਿਸਟਾਂ ਤੋਂ ਹੁੰਦੀ ਹੈ, ਜਿਹੜਾ ਵਕੀਲਾਂ ਦੇ ਕੈਬਿਨ ਤੋਂ ਹੁੰਦਾ ਹੋਇਆ ਹੌਲੀ ਹੌਲੀ ਜੱਜ ਸਾਹਿਬ ਦੇ ਅਦਾਲਤੀ ਕਮਰੇ ਤਕ ਜਾ ਪਹੁੰਚਦਾ ਹੈ। ਅਰਜੀ ਨਵੀਸ, ਅਸਟਾਮ ਫਰੋਸ ਅਤੇ ਟਾਈਪਿਸਟ ਜਿੱਥੇ ਲੋਕਾਂ ਤੋਂ ਆਮ ਕਾਗਜ ਤਕ ਟਾਈਪ ਕਰਨ ਅਤੇ ਉਸਨੂੰ ਫੋਟੋਸਟੇਟ ਕਰਨ ਦੇ ਮੂੰਹ ਮੰਗੇ ਪੈਸੇ ਵਸੂਲਦੇ ਹਨ ਉੱਥੇ ਮਹਿੰਗੇ ਰੇਟ ਤੇ ਅਸ਼ਟਾਮ ਵੇਚੇ ਜਾਣ ਦੀਆਂ ਖਬਰਾਂ ਵੀ ਆਮ ਹਨ। ਇਸੇ ਤਰ੍ਹਾਂ ਜਿਆਦਾਤਾਰ ਵਕੀਲਾਂ ਦੇ ਮੁਨਸ਼ੀ, ਚਪੜਾਸੀ, ਟੇ੍ਰਨਿੰਗ ਕਰ ਰਹੇ ਛੋਟੇ ਵਕੀਲ ਵੀ ਹਰ ਵਾਰ ਮੁਕਦਮੇ ਦੀ ਪੇਸ਼ੀ ਭੁਗਤਣ ਆਏ ਵਿਅਕਤੀ ਤੋਂ ਆਪਣਾ ਚਾਹ ਪਾਣੀ ਵੱਖਰਾ ਵਸੂਲਦੇ ਹਨ। ਇਹਨਾਂ ਸਾਰੇ ਪੜਾਵਾਂ ਨੂੰ ਪਾਰ ਕਰਨ ਤੋਂ ਬਾਅਦ ਜਦੋਂ ਮੁਕਦਮਾ ਲੜ ਰਿਹਾ ਵਿਅਕਤੀ ਅਦਾਲਤ ਦੇ ਕਮਰੇ ਤਕ ਪਹੁੰਚਦਾ ਹੈ ਤਾਂ ਉੱਥੇ ਪੇਸ਼ੀ ਲਈ ‘ਹਾਜਰ ਹੋ’ ਦੀਆਂ ਆਵਾਜਾਂ ਮਾਰਨ ਵਾਲਾ ਵਿਅਕਤੀ ਹੋਵੇ ਜਾਂ ਅਦਾਲਤ ਵਿੱਚ ਜੱਜ ਸਾਹਿਬ ਦੇ ਕਮਰੇ ਵਿੱਚ ਬੈਠੇ ਜਿਆਦਾਤਰ ਕਰਮਚਾਰੀ (ਟਾਈਪਿਸਟ, ਨਾਇਬ ਕੋਰਟ ਅਤੇ ਹੋਰ ਮੁਲਾਜਮ), ਮੌਕਾ ਮਿਲਣ ਤੇ ਪੇਸ਼ੀ ਭੁਗਤਣ ਆਏ ਲੋਕਾਂ ਤੋਂ ਕੁਝ ਨਾ ਕੁਝ ਝਾੜ ਲੈਂਦੇ ਹਨ।

ਇਸ ਦੌਰਾਨ ਅਦਾਲਤ ਦੇ ਹੀ ਕਿਸੇ ਕਰਮਚਾਰੀ ਵਲੋਂ ਜੱਜ ਸਾਹਿਬ ਦੇ ਨਾਮ ਤੇ ਮੁਕਦਮਾ ਲੜ ਰਹੇ ਵਿਅਕਤੀਆਂ ਨੂੰ ਫੈਸਲਾ ਉਹਨਾਂ ਦੇ ਪੱਖ ਵਿੱਚ ਕਰਵਾਉਣ ਦੇ ਨਾਮ ਹੇਠ ਮੋਟੀ ਰਕਮ ਲੈਣ ਦੇ ਮਾਮਲੇ ਵੀ ਅਕਸਰ ਸਾਮ੍ਹਣੇ ਆਉਂਦੇ ਹਨ। ਸਿਰਫ ਸਰਕਾਰੀ ਕਰਮਚਾਰੀ ਹੀ ਨਹੀਂ ਬਲਕਿ ਮੁਕਦਮਾ ਲੜ ਰਹੇ ਵਕੀਲਾਂ ਤੇ ਵੀ ਜੱਜ ਨਾਲ ਸਿੱਧੀ ਗੱਲ ਹੋਣ ਅਤੇ ਮੁਕਦਮੇ ਦਾ ਫੈਸਲਾ ਆਪਣੇ ਪੱਖ ਵਿੱਚ ਕਰਵਾਉਣ ਦਾ ਦਾਅਵਾ ਕਰਨ ਦੇ ਇਲਜਾਮ ਲੱਗਦੇ ਹਨ, ਜਿਹੜੇ ਆਪਣੇ ਮੁਵੱਕਿਲ ਤੋਂ ਮੋਟੀ ਫੀਸ ਤਾਂ ਵਸੂਲਦੇ ਹੀ ਹਨ, ਜੱਜ ਨੂੰ ਦੇਣ ਦੇ ਨਾਮ ਤੇ ਵੀ ਮੋਟੀ ਰਕਮ ਲੈਂਦੇ ਹਨ। ਗਨੀਮਤ ਇਹ ਹੈ ਕਿ ਹੁਣ ਵੀ ਸਾਡੀਆਂ ਅਦਾਲਤਾਂ ਦੇ ਮਾਣਯੋਗ ਜੱਜ ਆਮ ਤੌਰ ਤੇ ਇਮਾਨਦਾਰ ਹਨ। ਹਾਲਾਂਕਿ ਸਮੇਂ ਸਮੇਂ ਤੇ ਜੱਜਾਂ ਉਪਰ ਵੀ ਰਿਸ਼ਵਤ ਲੈਣ ਦੇ ਦੋਸ਼ ਲੱਗਦੇ ਹਨ ਪਰੰਤੂ ਫਿਰ ਵੀ ਕਿਹਾ ਜਾ ਸਕਦਾ ਹੈ ਕਿ ਇੱਕਾ ਦੁੱਕਾ ਮਾਮਲਿਆਂ ਨੂੰ ਛੱਡ ਕੇ ਸਾਡੇ ਦੇਸ਼ ਦੀਆਂ ਅਦਾਲਤਾਂ ਦੇ ਵੱਡੀ ਗਿਣਤੀ ਜੱਜ ਇਮਾਨਦਾਰ ਹਨ।

ਦੇਸ਼ ਦੀਆਂ ਅਦਾਲਤਾਂ ਵਿੱਚ ਆਪਣੀਆਂ ਜੜ੍ਹਾਂ ਮਜਬੂਤ ਕਰ ਰਹੇ ਭ੍ਰਿਸ਼ਟਾਚਾਰ ਕਾਰਨ ਲੋਕਾਂ ਦਾ ਦੇਸ਼ ਦੀ ਨਿਆਂ ਵਿਵਸਥਾ ਤੋਂ ਭਰੋਸਾ ਉਠਦਾ ਹੈ ਅਤੇ ਇਹ ਵੀ ਇੱਕ ਕਾਰਨ ਹੈ ਕਿ ਲੋਕ ਕਿਸੇ ਮੁਕੱਦਮੇਬਾਜੀ ਵਿੱਚ ਉਲਝਣ ਦੀ ਥਾਂ ਵਿਰੋਧੀਆਂ ਨਾਲ ਸਮਝੌਤਾ ਕਰਨ ਦਾ ਰਾਹ ਅਪਣਾਉਂਦੇ ਹਨ ਤਾਂ ਜੋ ਅਦਾਲਤਾਂ ਦੀ ਖੱਜਲ ਖੁਆਰੀ ਤੋਂ ਬਚਿਆ ਜਾ ਸਕੇ। ਕੁੱਝ ਠੱਗ ਕਿਸਮ ਦੇ ਲੋਕ ਆਮ ਲੋਕਾਂ ਦੇ ਇਸ ਡਰ ਦਾ ਪੂਰਾ ਫਾਇਦਾ ਚੁੱਕਦੇ ਹਨ ਅਤੇ ਕਈ ਵਾਰ ਅਜਿਹਾ ਵੀ ਵੇਖਣ ਵਿੱਚ ਆਉਂਦਾ ਹੈ ਕਿ ਅਜਿਹੇ ਲੋਕ ਕਿਸੇ ਨਾ ਕਿਸੇ ਸ਼ਰੀਫ ਵਿਅਕਤੀ ਨੂੰ ਮੁਕਦਮੇਬਾਜੀ ਵਿੱਚ ਉਲਝਾ ਲੈਂਦੇ ਹਨ ਅਤੇ ਫਿਰ ਉਸ ਵਿਅਕਤੀ ਵਲੋਂ ਅਦਾਲਤ ਵਿੱਚ ਹੋਣ ਵਾਲੀ ਖੱਜਲ ਖੁਆਰੀ ਤੋਂ ਬਚਣ ਲਈ ਮੁਕਦਮਾ ਭੁਗਤਣ ਦੀ ਥਾਂ, ਕੁਝ ਲੈ ਦੇ ਕੇ ਸਮਝੌਤਾ ਕਰਨ ਦਾ ਰਾਹ ਅਖਤਿਆਰ ਕਰਦਾ ਹੈ।

ਦੇਸ਼ ਦੀਆਂ ਅਦਾਲਤਾਂ ਵਿੱਚ ਲਗਾਤਾਰ ਵੱਧਦੇ ਭ੍ਰਿਸ਼ਟਾਚਾਰ ਦੇ ਇਸ ਕੋਹੜ ਤੇ ਕਾਬੂ ਕਰਨ ਲਈ ਤੁਰੰਤ ਕਦਮ ਚੁੱਕੇ ਜਾਣੇ ਚਾਹੀਦੇ ਹਨ ਅਤੇ ਇਸ ਵਿੱਚ ਸ਼ਾਮਿਲ ਲੋਕਾਂ ਦੇ ਖਿਲਾਫ ਸਖਤ ਕਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਸੰਬੰਧੀ ਅਦਾਲਤਾਂ ਵਿੱਚ ਤੈਨਾਤ ਮਾਣਯੋਗ ਜੱਜਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਕੋਲ ਆਉਣ ਵਾਲੇ ਮੁਕੱਦਮਿਆਂ ਦੀ ਸੁਣਵਾਈ ਦੇ ਨਾਲ ਨਾਲ ਆਪਣੇ ਦਫਤਰੀ ਅਮਲੇ ਫੈਲੇ ਵਲੋਂ ਕੀਤੇ ਜਾਂਦੇ ਭ੍ਰਿਸ਼ਟਾਚਾਰ ਤੇ ਕਾਬੂ ਕਰਨ ਲਈ ਸਖਤ ਕਦਮ ਚੁੱਕਣ ਅਤੇ ਅਜਿਹੇ ਕਰਮਚਾਰੀਆਂ ਨੂੰ ਬਰਖਾਸਤ ਕੀਤਾ ਜਾਵੇ, ਜਿਹੜੇ ਰਿਸ਼ਵਤ ਦੇ ਨਾਮ ਤੇ ਇਨਸਾਫ ਦੀ ਆਸ ਵਿੱਚ ਅਦਾਲਤ ਵਿੱਚ ਪਹੁੰਚਣ ਵਾਲੇ ਮਜਲੂਮਾਂ ਦੀ ਹੀ ਲੁੱਟ ਕਰਦੇ ਹਨ। ਸਾਡੀ ਨਿਆਂ ਵਿਵਸਥਾ ਵਿੱਚ ਆਮ ਲੋਕਾਂ ਦਾ ਭਰੋਸਾ ਕਾਇਮ ਰੱਖਣ ਲਈ ਅਜਿਹਾ ਕੀਤਾ ਜਾਣਾ ਜਰੂਰੀ ਹੈ ਅਤੇ ਇਸ ਲਈ ਤੁਰੰਤ ਕਾਰਵਾਈ ਜਰੂਰੀ ਹੈ ਅਤੇ ਇਸ ਸੰਬੰਧੀ ਤੁਰੰਤ ਕਦਮ ਚੁੱਕੇ ਜਾਣੇ ਚਾਹੀਦੇ ਹਨ।

Continue Reading

Editorial

ਪੰਜਾਬ ਬੰਦ ਦਾ ਸੱਦਾ ਦੇਣ ਲਈ ਕਿਉਂ ਮਜਬੂਰ ਹੁੰਦੀਆਂ ਹਨ ਸੰਘਰਸ਼ਸ਼ੀਲ ਜਥੇਬੰਦੀਆਂ

Published

on

By

ਪਿਛਲੇ ਦਿਨੀਂ ਪੰਜਾਬ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਪੰਜਾਬ ਬੰਦ ਰਿਹਾ। ਇਸ ਬੰਦ ਦਾ ਸੱਦਾ ਪਰਵਿੰਦਰ ਸਿੰਘ ਦੇ ਪਰਿਵਾਰ ਅਤੇ ਵੱਖ- ਵੱਖ ਜਥੇਬੰਦੀਆਂ ਵੱਲੋਂ ਦਿੱਤਾ ਗਿਆ ਸੀ। ਇਸ ਦੌਰਾਨ ਕਈ ਥਾਵਾਂ ਤੇ ਧਰਨਾਕਾਰੀਆਂ ਵੱਲੋਂ ਮੁੱਖ ਸੜਕਾਂ ਤੇ ਧਰਨੇ ਲਗਾ ਕੇ ਕਈ ਘੰਟੇ ਆਵਾਜਾਈ ਵੀ ਠੱਪ ਕੀਤੀ ਗਈ, ਜਿਸ ਕਾਰਨ ਜਿੱਥੇ ਆਮ ਲੋਕ ਖੱਜਲ ਖੁਆਰ ਹੋਏ, ਉਥੇ ਅਨੇਕਾਂ ਥਾਵਾਂ ਤੇ ਆਵਾਜਾਈ ਠੱਪ ਕਰਨ ਵਾਲਿਆਂ ਅਤੇ ਰਾਹਗੀਰਾਂ, ਵਾਹਨ ਚਾਲਕਾਂ ਵਿਚਾਲੇ ਬਹਿਸ ਵੀ ਹੋਈ।

ਇਸ ਦੌਰਾਨ ਪਟਿਆਲਾ ਜ਼ਿਲ੍ਹੇ ਵਿੱਚ ਬੰਦ ਦਾ ਅਸਰ ਘੱਟ ਰਿਹਾ। ਪਟਿਆਲਾ ਜ਼ਿਲ੍ਹੇ ਦੀ ਵਪਾਰ ਜਥੇਬੰਦੀ ਦੇ ਪ੍ਰਧਾਨ ਨੇ ਸੋਸ਼ਲ ਮੀਡੀਆ ਅਤੇ ਟੀ. ਵੀ. ਚੈਨਲਾਂ ਤੇ ਲਾਈਵ ਹੋ ਕੇ ਕਿਹਾ ਸੀ ਕਿ ਉਹ ਪੰਜਾਬ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਨਿਖੇਧੀ ਕਰਦੇ ਹਨ ਅਤੇ ਪੀੜਤ ਪਰਿਵਾਰ ਦਾ ਦੁੱਖ ਸਮਝਦੇ ਹਨ ਪਰ ਪਟਿਆਲਾ ਜ਼ਿਲ੍ਹੇ ਦੇ ਵਪਾਰੀ ਅਤੇ ਦੁਕਾਨਦਾਰ ਦੁਕਾਨਾਂ ਬੰਦ ਨਹੀਂ ਕਰਨਗੇ ਕਿਉਂਕਿ ਇਸ ਵੇਲੇ ਤਿਉਹਾਰੀ ਸੀਜਨ ਚੱਲ ਰਿਹਾ ਹੈ ਅਤੇ ਦੁਕਾਨਦਾਰਾਂ ਨੇ ਆਪਣੀ ਰੋਜ਼ੀ ਰੋਟੀ ਦੁਕਾਨਾਂ ਖੋਲ੍ਹ ਕੇ ਹੀ ਕਮਾਉਣੀ ਹੁੰਦੀ ਹੈ।

ਬੰਦ ਦੌਰਾਨ ਕਈ ਥਾਵਾਂ ਨੇ ਸੰਘਰਸ਼ ਸ਼ੀਲ ਜਥੇਬੰਦੀਆਂ ਵੱਲੋਂ ਜਬਰਦਸਤੀ ਦੁਕਾਨਾਂ ਬੰਦ ਕਰਵਾਈਆਂ ਗਈਆਂ, ਜਿਸ ਕਾਰਨ ਮਾਹੌਲ ਤਨਾਓ ਪੂਰਨ ਰਿਹਾ। ਵੱਡੀ ਗਿਣਤੀ ਲੋਕਾਂ ਨੇ ਡਰ ਅਤੇ ਸਹਿਮ ਕਾਰਨ ਆਪਣੀਆਂ ਦੁਕਾਨਾਂ ਬੰਦ ਰਖੀਆਂ ਤਾਂ ਕਿ ਸ਼ਰਾਰਤੀ ਅਨਸਰ ਉਹਨਾਂ ਨਾਲ ਕੋਈ ਅਣਸੁਖਾਂਵੀ ਘਟਨਾ ਨੂੰ ਅੰਜਾਮ ਨਾ ਦੇਣ।

ਕਿਸੇ ਜਥੇਬੰਦੀ ਜਾਂ ਜਥੇਬੰਦੀਆਂ ਵੱਲੋਂ ‘ਪੰਜਾਬ ਬੰਦ’ ਦਾ ਦਿੱਤਾ ਗਿਆ ਇਹ ਸੱਦਾ ਪਹਿਲੀ ਵਾਰ ਨਹੀਂ ਸੀ ਬਲਕਿ ਇਸ ਤੋਂ ਪਹਿਲਾਂ ਵੀ ਵੱਖ- ਵੱਖ ਜਥੇਬੰਦੀਆਂ ‘ਪੰਜਾਬ ਬੰਦ’ ਦਾ ਸੱਦਾ ਦੇ ਚੁੱਕੀਆਂ ਹਨ ਅਤੇ ਉਹਨਾਂ ਦੇ ਬੰਦ ਦੇ ਸੱਦੇ ਨੂੰ ਹੁੰਗਾਰਾ ਵੀ ਮਿਲਦਾ ਰਿਹਾ ਹੈ। ਪਿਛਲੇ ਮਹੀਨੇ ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਚੰਡੀਗੜ੍ਹ ਵੱਲ ਕੂਚ ਕਰ ਰਹੀ ਸੰਗਤ ਤੇ ਅਥਰੂ ਗੈਸ ਦੇ ਗੋਲੇ ਵਰ੍ਹਾਉਣ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਖ਼ਿਲਾਫ਼ ‘ਪੰਜਾਬ ਬੰਦ’ ਦਾ ਸੱਦਾ ਦਿੱਤਾ ਗਿਆ ਸੀ। ਇਸ ਮੌਕੇ ਇਨਸਾਫ਼ ਮੋਰਚੇ ਦੇ ਆਗੂਆਂ ਵੱਲੋਂ ਵੱਖ- ਵੱਖ ਥਾਵਾਂ ਤੇ ਸਵੇਰੇ 7 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਆਵਾਜਾਈ, ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਕਰਵਾਉਣ ਦਾ ਯਤਨ ਕੀਤਾ ਗਿਆ। ਇਸ ਤੋਂ ਵੀ ਕੁਝ ਦਿਨ ਪਹਿਲਾਂ ਦਲਿਤ ਜਥੇਬੰਦੀਆਂ ਵੱਲੋਂ ਵੀ ‘ਪੰਜਾਬ ਬੰਦ’ ਦਾ ਸੱਦਾ ਦਿੱਤਾ ਗਿਆ ਸੀ। ਕਿਸਾਨ ਜਥੇਬੰਦੀਆਂ ਵੀ ਪਿਛਲੇ ਸਮੇਂ ਦੌਰਾਨ ‘ਪੰਜਾਬ ਬੰਦ’ ਕਰ ਚੁੱਕੀਆਂ ਹਨ। ਜਿਸ ਕਰਕੇ ਇਹ ਮਹਿਸੂਸ ਹੋ ਰਿਹਾ ਹੈ ਕਿ ਸੂਬੇ ਵਿੱਚ ‘ਪੰਜਾਬ ਬੰਦ’ ਦੀ ਰਾਜਨੀਤੀ ਇੱਕ ਵਾਰ ਮੁੜ ਸ਼ੁਰੂ ਹੋ ਗਈ ਹੈ।

ਪੰਜਾਬੀਆਂ ਨੂੰ ਉਹ ਲੰਘਿਆ ਸਮਾਂ ਅਜੇ ਵੀ ਚੰਗੀ ਤਰ੍ਹਾਂ ਯਾਦ ਹੈ, ਜਦੋਂ ਸੂਬੇ ਵਿੱਚ ਹਰ ਤੀਜੇ ਦਿਨ ‘ਪੰਜਾਬ ਬੰਦ’ ਦਾ ਸੱਦਾ ਦੇ ਦਿੱਤਾ ਜਾਂਦਾ ਸੀ। ਉਸ ਸਮੇਂ ਪੰਜਾਬ ਦਾ ਮਾਹੌਲ ਠੀਕ ਨਹੀਂ ਸੀ ਅਤੇ ਡਰਦੇ ਹੋਏ ਲੋਕ ਕੁਝ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਦਿੱਤੇ ਜਾਂਦੇ ‘ਪੰਜਾਬ ਬੰਦ’ ਦੇ ਸੱਦੇ ਦੌਰਾਨ ਆਪਣੀਆਂ ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਰੱਖਦੇ ਸਨ। ਇਸ ਦੇ ਨਾਲ ਹੀ ਵਿਦਿਅਕ ਅਦਾਰੇ ਵੀ ਅਕਸਰ ਬੰਦ ਰਹਿੰਦੇ ਸਨ। ਉਸ ਸਮੇਂ ਅਕਸਰ ਰੇਲ ਅਤੇ ਬੱਸ ਆਵਾਜਾਈ ਵੀ ਠੱਪ ਕਰ ਦਿੱਤੀ ਜਾਂਦੀ ਸੀ। ਪੰਜਾਬ ਵਿੱਚ ਅਮਨ-ਸ਼ਾਂਤੀ ਪਰਤ ਆਉਣ ਤੋਂ ਬਾਅਦ ਇਹ ‘ਬੰਦ ਦੀ ਰਾਜਨੀਤੀ’ ਵੀ ਇੱਕ ਤਰ੍ਹਾਂ ਸਮਾਪਤ ਹੋ ਗਈ ਸੀ।

ਪਰੰਤੂ ਹੁਣ ਪੰਜਾਬ ਵਿੱਚ ਮੁੜ ‘ਬੰਦ’ ਦੀ ਰਾਜਨੀਤੀ ਦੀ ਸ਼ੁਰੂੁਆਤ ਹੋ ਚੁੱਕੀ ਹੈ। ਇਸ ਤਰੀਕੇ ਦੀ ਸਿਆਸਤ ਦੀ ਸ਼ੁਰੂਆਤ ਭਾਵੇਂ ਸਿਆਸੀ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਕੀਤੀ ਜਾਂਦੀ ਮੰਨੀ ਜਾਂਦੀ ਹੈ ਪਰ ਕਿਸਾਨ ਜਥੇਬੰਦੀਆਂ ਜਦੋਂ ਵੀ ਕਿਸੇ ਥਾਂ ਧਰਨਾ ਲਗਾਉਂਦੀਆਂ ਹਨ ਤਾਂ ਪੂਰੇ ਅਨੁਸ਼ਾਸਨ ਵਿੱਚ ਰਹਿੰਦੀਆਂ ਹਨ ਅਤੇ ਉਥੇ ਇਹਨਾਂ ਜਥੇਬੰਦੀਆਂ ਵੱਲੋਂ ‘ਲੰਗਰ’ ਵੀ ਲਗਾਏ ਜਾਂਦੇ ਹਨ। ਇਹਨਾਂ ‘ਲੰਗਰਾਂ’ ਵਿੱਚ ਕੋਈ ਵੀ ਵਿਅਕਤੀ ਬਿਨਾਂ ਕਿਸੇ ਭੇਦਭਾਵ ਦੇ ਖਾਣਾ ਖਾ ਸਕਦਾ ਹੈ। ਕੁਝ ਕਿਸਾਨ ਆਗੂ ਕਹਿੰਦੇ ਹਨ ਕਿ ਉਹਨਾਂ ਦੀ ਲੜਾਈ ਸਰਕਾਰਾਂ ਨਾਲ ਹੈ ਅਤੇ ਉਹ ਆਮ ਲੋਕਾਂ ਦੀਆਂ ਸਮੱਸਿਆਵਾਂ ਸਮਝਦੇ ਹਨ।

ਪੰਜਾਬ ਵਿੱਚ ਵੱਡੀ ਗਿਣਤੀ ਲੋਕ ਅਜਿਹੇ ਹਨ, ਜੋਕਿ ਹਰ ਦਿਨ ਦਿਹਾੜੀ ਲਗਾਉਂਦੇ ਹਨ ਜਾਂ ਰੇਹੜੀਆਂ ਫੜੀਆਂ ਲਗਾਉਂਦੇ ਹਨ। ਇਸ ਤੋਂ ਇਲਾਵਾ ਦੁਕਾਨਦਾਰਾਂ ਨੇ ਵੀ ਹਰ ਦਿਨ ਕਮਾਈ ਕਰਨੀ ਹੁੰਦੀ ਹੈ, ਕਿਉਂਕਿ ਹਰ ਦੁਕਾਨ ਦਾ ਹਰ ਦਿਨ ਖਰਚਾ ਪੈਂਦਾ ਰਹਿੰਦਾ ਹੈ। ਪ੍ਰਾਈਵੇਟ ਅਦਾਰਿਆਂ ਵਿੱਚ ਕੰਮ ਕਰਦੇ ਮੁਲਾਜਮ ਵੀ ਇੱਕ ਤਰ੍ਹਾਂ ਦਿਹਾੜੀਦਾਰਾਂ ਵਰਗੇ ਹੁੰਦੇ ਹਨ। ਜਦੋਂ ਵੀ ਕਿਸੇ ਥਾਂ ਆਵਾਜਾਈ ਠੱਪ ਹੁੰਦੀ ਹੈ ਜਾਂ ‘ਬੰਦ’ ਹੁੰਦਾ ਹੈ ਤਾਂ ਅਕਸਰ ਆਮ ਲੋਕਾਂ ਦੇ ਕੰਮ ਕਾਰ ਬੰਦ ਹੋ ਜਾਂਦੇ ਹਨ ਅਤੇ ਪ੍ਰਾਈਵੇਟ ਮੁਲਾਜਮ ਆਪਣੇ ਦਫਤਰਾਂ ਵਿੱਚ ਸਮੇਂ ਸਿਰ ਨਹੀਂ ਪਹੁੰਚ ਸਕਦੇ। ਜਿਸ ਕਾਰਨ ਉਹਨਾਂ ਨੂੰ ਕਈ ਤਰ੍ਹਾਂ ਦੀਆਂ ਪ੍ਰੇੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਕੋਈ ਵੀ ਸਿਆਸੀ ਪਾਰਟੀ ਬੰਦੀ ਸਿੰਘਾਂ, ਕਿਸਾਨਾਂ ਦੇ ਮਸਲਿਆਂ, ਪਾਣੀਆਂ ਦਾ ਮਸਲਾ, ਨਸ਼ੇ ਦੇ ਕਹਿਰ ਅਤੇ ਪੰਜਾਬੀਆਂ ਦੀਆਂ ਹੋਰ ਮੁੱਖ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਇਹੋ ਕਾਰਨ ਹੈ ਕਿ ਇਹਨਾਂ ਮੰਗਾਂ ਲਈ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ‘ਪੰਜਾਬ ਬੰਦ’ ਵਰਗੇ ਸੱਦੇ ਦੇਣ ਲਈ ਮਜ਼ਬੂਰ ਹੁੰਦੀਆਂ ਹਨ। ‘ਪੰਜਾਬ ਬੰਦ’ ਦੇ ਸੱਦੇ ਦੇਣ ਤੋਂ ਪਹਿਲਾਂ ਜਥੇਬੰਦੀਆਂ ਨੂੰ ਇਸ ਬੰਦ ਕਾਰਨ ਆਮ ਲੋਕਾਂ ਦੇ ਹੁੰਦੇ ਆਰਥਿਕ, ਸਮਾਜਿਕ ਤੇ ਮਾਨਸਿਕ ਨੁਕਸਾਨ ਬਾਰੇ ਸੋਚਣਾ ਚਾਹੀਦਾ ਹੈ।

ਬਿਊਰੋ

Continue Reading

Editorial

ਕੱਤਕ ਮਹੀਨੇ ਆਵਣ ਕੂੰਜਾਂ

Published

on

By

ਘਰਾਂ ਨੂੰ ਪਰਤਣ ਦਾ ਮਹੀਨਾ ਕੱਤਕ

ਕੱਤਕ ਮਹੀਨੇ ਨੂੰ ਕੱਤਾ ਅਤੇ ਕੱਤੇ ਵੀ ਕਹਿ ਲਿਆ ਜਾਂਦਾ ਹੈ। ਕੱਤਕ ਮਹੀਨੇ ਨੂੰ ਹਿੰਦੀ ਅਤੇ ਹੋਰਨਾਂ ਭਾਸ਼ਾਵਾਂ ਵਿਚ ‘ਕਾਰਤਿਕ ‘ ਵੀ ਕਿਹਾ ਜਾਂਦਾ ਹੈ। ਕੱਤਕ ਮਹੀਨੇ ਨੂੰ ਇੰਗਲਿਸ਼ ਵਿਚ ‘ਪਲੀਅਡੀਜ’ ਕਹਿੰਦੇ ਹਨ, ਇਸੇ ਤਰਾਂ ਫਾਰਸੀ ਵਿਚ ਕੱਤਕ ਮਹੀਨੇ ਨੂੰ ‘ਪਰਵੀਨ’ ਅਤੇ ਅਰਬੀ ਭਾਸ਼ਾ ਵਿੱਚ ‘ਸੋਰਯਾ’ ਕਹਿੰਦੇ ਹਨ।

ਜਦੋਂ ਪੰਜਾਬ ਦੇ ਹਰ ਇਲਾਕੇ ਵਿੱਚ ਭਰ ਜਵਾਨ ਹੋਇਆ ਝੋਨਾ, ਮਾਲਵਾ ਇਲਾਕੇ ਵਿੱਚ ਕਪਾਹ ਅਤੇ ਨਰਮੇ ਨੂੰ ਖਿੜੇ ਚਿੱਟੇ ਚਿੱਟੇ ਫੁੱਲ ਅਤੇ ਇਹਨਾਂ ਚਿੱਟੇ ਦੁੱਧ ਵਰਗੇ ਫੁੱਲਾਂ ਤੇ ਪਈ ਤਰੇਲ ਦੀਆਂ ਬੂੰਦਾਂ, ਕਪਾਹ ਅਤੇ ਨਰਮਾ ਚੁਗਦੀਆਂ ਹੋਈਆਂ ਪੰਜਾਬ ਦੀਆਂ ਮੁਟਿਆਰਾਂ, ਗਵਾਰ ਅਤੇ ਮੂੰਗੀ ਦੀਆਂ ਫਸਲਾਂ ਭਰ ਜੋਬਨ ਤੇ ਆ ਕੇ ਪੈਲਾਂ ਪਾਉਣ ਲੱਗ ਪੈਣ ਤਾਂ ਹਰ ਆਮ ਤੇ ਖਾਸ ਨੂੰ ਪਤਾ ਚਲ ਜਾਂਦਾ ਹੈ ਕਿ ਕੱਤਕ ਮਹੀਨੇ ਨੇ ਦਸਤਕ ਦੇ ਦਿੱਤੀ ਹੈ।

ਕੱਤਕ ਮਹੀਨੇ ਕੂੰਜਾਂ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਹੋਰ ਪਰਵਾਸੀ ਪੰਛੀਆਂ ਦੇ ਆਉਣ ਦੇ ਨਾਲ ਹੀ ਉਹਨਾਂ ਵਿਆਹੁਤਾ ਮੁਟਿਆਰਾਂ ਨੂੰ ਆਪਣੇ ਕੰਤ ਦੇ ਆਉਣ ਦੀ ਉਡੀਕ ਵੀ ਸ਼ੁਰੂ ਹੋ ਜਾਂਦੀ ਹੈ, ਜਿਹਨਾਂ ਦੇ ਕੰਤ ਰੋਜ਼ੀ ਰੋਟੀ ਦੇ ਜੁਗਾੜ ਲਈ ਸੱਤ ਸਮੁੰਦਰ ਪਾਰ ਪਰਦੇਸ਼ ਉਡਾਰੀ ਮਾਰ ਗਏ ਹੁੰਦੇ ਹਨ। ਅਕਸਰ ਹੀ ਵੱਡੀ ਗਿਣਤੀ ਪਰਵਾਸੀ ਪੰਜਾਬੀ ਦਿਵਾਲੀ ਮੌਕੇ ਆਪਣੇ ਵਤਨ ਪੰਜਾਬ ਗੇੜਾ ਮਾਰਦੇ ਹਨ। ਬਿਰਹੋਂ ਦੀ ਅਗਨੀ ਵਿੱਚ ਤੜਫਦੀਆਂ ਜੋਬਨਵੰਤੀਆਂ ਮੁਟਿਆਰਾਂ ਦੇ ਕੰਤ ਜਦੋਂ ਕੱਤਕ ਮਹੀਨੇ ਉਹਨਾਂ ਦੇ ਕੋਲ ਆ ਜਾਂਦੇ ਹਨ ਤਾਂ ਉਹਨਾਂ ਦੀ ਜਿੰਦਗੀ ਵਿੱਚ ਲੱਖਾਂ ਬਲਬਾਂ ਤੇੇ ਕਰੋੜਾਂ ਟਿਊਬ ਲਾਈਟਾਂ ਦੀ ਰੌਸ਼ਨੀ ਹੋ ਜਾਂਦੀ ਹੈ।

ਕੱਤਕ ਮਹੀਨੇ ਮਾਲਵਾ ਇਲਾਕੇ ਦੇ ਅਬੋਹਰ ਅਤੇ ਹੋਰ ਇਲਾਕਿਆਂ ਵਿੱਚ ਮੌਸਮੀ (ਮੁਸੰਮੀ) ਦੇ ਪੌਦਿਆਂ ਨੂੰ ਭਰਪੂਰ ਫਲ ਲੱਗਿਆ ਹੁੰਦਾ ਹੈ, ਇਸ ਦੇ ਨਾਲ ਕਿੰਨੂੰ ਦੇ ਪੌਦਿਆਂ ਨੂੰ ਕੱਤਕ ਮਹੀਨੇ ਫਲ ਪੈਣਾ ਸ਼ੁਰੂ ਹੋ ਜਾਂਦਾ ਹੈ, ਜੋ ਕਿ ਅਗਲੇ ਮਹੀਨਿਆਂ ਦੌਰਾਨ ਵੱਡਾ ਹੁੰਦਾ ਜਾਂਦਾ ਹੈ। ਕੱਤਕ ਮਹੀਨੇ ਗੰਨੇ ਦੀ ਫਸਲ ਵੀ ਪੈਲਾਂ ਪਾਉਂਦੀ ਆਪਣੀ ਜਵਾਨੀ ਦਾ ਜਲਵਾ ਦਿਖਾਉਂਦੀ ਪ੍ਰਤੀਤ ਹੁੰਦੀ ਹੈ। ਅੱਧੇ ਕੱਤੇ ਤੋਂ ਭਾਵ ਕੱਤਕ ਮਹੀਨੇ ਦੇ ਅੱਧ ਵਿਚਕਾਰ ਜਾ ਕੇ ਪੰਜਾਬ ਦੇ ਖੇਤਾਂ ਵਿੱਚ ਹਾੜੀ ਦੀ ਫਸਲ ਕਣਕ ਅਤੇ ਸਰ੍ਹੋਂ ਦੀ ਬਿਜਾਈ ਸ਼ੁਰੂ ਹੋ ਜਾਂਦੀ ਹੈ।

ਕੁਝ ਸਾਲ ਪਹਿਲਾਂ ਤੱਕ ਪੰਜਾਬ ਵਿੱਚ ਗੰਨਾ ਬਹੁਤ ਵੱਡੇ ਪੱਧਰ ਉਪਰ ਬੀਜਿਆ ਜਾਂਦਾ ਸੀ ਪਰ ਹੁਣ ਗੰਨੇ ਦੀ ਫਸਲ ਹੇਠ ਰਕਬਾ ਬਹੁਤ ਹੀ ਘੱਟ ਗਿਆ ਹੈ। ਗੰਨੇ ਦੀ ਫਸਲ ਨੂੰ ਕਮਾਦ ਵੀ ਕਿਹਾ ਜਾਂਦਾ ਹੈ। ਗੰਨੇ ਤੋਂ ਹੀ ਗੁੜ ਅਤੇ ਸ਼ੱਕਰ ਬਣਾਏ ਜਾਂਦੇ ਹਨ। ਇਹੀ ਕਾਰਨ ਹੈ ਕਿ ਕੱਤਕ ਮਹੀਨੇ ਵਿੱਚ ਅਨੇਕਾਂ ਹੀ ਥਾਂਵਾਂ ਉਪਰ ਗੁੜ ਤੇ ਸ਼ੱਕਰ ਬਣਾਉਣ ਵਾਲੇ ਵੇਲਣੇ ਅਤੇ ਘੁਲਾੜੀਆਂ ਨਜ਼ਰ ਆਉਂਦੇ ਹਨ। ਮਿਥਿਹਾਸ ਅਨੁਸਾਰ ਗੰਨੇ ਦੀ ਉਤਪਤੀ ਭਾਰਤ ਵਿੱਚ ਹੀ ਹੋਈ ਅਤੇ ਇਥੋਂ ਹੀ ਗੰਨਾ ਸਾਰੀ ਦੁਨੀਆ ਵਿੱਚ ਪਹੁੰਚਿਆ। ਇਹ ਵੀ ਕਿਹਾ ਜਾਂਦਾ ਹੈ ਕਿ ਸਿਕੰਦਰ ਦੇ ਫ਼ੌਜੀ ਵਾਪਸ ਮੁੜਦੇ ਸਮੇਂ ਆਪਣੇ ਨਾਲ ਗੰਨਾ ਵੀ ਯੂਰੋਪ ਵਿੱਚ ਲੈ ਗਏ। ਕੱਤਕ ਮਹੀਨੇ ਗੰਨੇ ਚੂਪਦੇ ਬੱਚੇ ਅਤੇ ਜਵਾਨ ਅੱਜ ਵੀ ਨਜ਼ਰ ਆ ਜਾਂਦੇ ਹਨ।

ਕੱਤਕ ਮਹੀਨੇ ਨੂੰ ਖਾਣ ਪੀਣ ਦਾ ਮਹੀਨਾ ਵੀ ਕਿਹਾ ਜਾਂਦਾ ਹੈ। ਕੱਤਕ ਮਹੀਨੇ ਦੀ ਮੱਸਿਆ ਨੂੰ ਰੌਸ਼ਨੀਆਂ ਦਾ ਪ੍ਰਸਿੱਧ ਤਿਉਹਾਰ ਦਿਵਾਲੀ ਮਨਾਇਆ ਜਾਂਦਾ ਹੈ। ਕੱਤਕ ਦੀ ਪੂਰਨਮਾਸੀ ਨੂੰ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾਂਦਾ ਹੈ। ਆਮ ਤੌਰ ਤੇ ਸਿੱਖ ਭਾਈਚਾਰੇ ਦੇ ਘਰਾਂ ਵਿੱਚ ਦਿਵਾਲੀ ਮੌਕੇ ਲਗਾਈਆਂ ਗਈਆਂ ਰੰਗ ਬਿਰੰਗੇ ਬਲਬਾਂ ਦੀ ਲੜੀਆਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਤੱਕ ਚਲਦੀਆਂ ਰਹਿੰਦੀਆਂ ਹਨ। ਇਸ ਤੋਂ ਇਲਾਵਾ ਕਰਵਾ ਚੌਥ, ਚੱਕਰੀਆਂ (ਮਾਤਾ ਦਾ ਵਰਤ) ਵਰਗੇ ਤਿਉਹਾਰ ਵੀ ਇਸੇ ਕੱਤਕ ਮਹੀਨੇ ਵਿੱਚ ਆਉਂਦੇ ਹਨ। ਇਹਨਾਂ ਤਿਉਹਾਰਾਂ ਮੌਕੇ ਵੱਡੀ ਗਿਣਤੀ ਔਰਤਾਂ ਵੱਲੋਂ ਵਰਤ ਵੀ ਰੱਖੇ ਜਾਂਦੇ ਹਨ ।

ਕੱਤਕ ਮਹੀਨੇ ਹੀ ਬੰਦੀ ਛੋੜ ਦਿਵਸ ਮਨਾਇਆ ਜਾਂਦਾ ਹੈ, ਜੋ ਕਿ ਦਿਵਾਲੀ ਵਾਲੇ ਦਿਨ ਹੀ ਹੁੰਦਾ ਹੈ। ਦਿਵਾਲੀ ਦੇ ਦਿਨ ਹੀ ਸਿੱਖਾਂ ਦੇ ਛੇਵੇਂ ਗੁਰੂ , ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਦੇ ਕਿਲੇ ਵਿਚੋਂ ਆਪਣੇ ਨਾਲ 52 ਰਾਜਿਆਂ ਨੂੰ ਛੁੱਡਵਾ ਕੇ ਅੰਮ੍ਰਿਤਸਰ ਪਹੁੰਚੇ ਸਨ, ਇਹ ਹੀ ਕਾਰਨ ਹੈ ਕਿ ਦਿਵਾਲੀ ਨੂੰ ਘਰਾਂ ਨੂੰ ਪਰਤਣ ਦਾ ਤਿਉਹਾਰ ਵੀ ਕਿਹਾ ਜਾਂਦਾ ਹੈ ਅਤੇ ਕੱਤਕ ਨੂੰ ਘਰਾਂ ਨੂੰ ਪਰਤਣ ਦਾ ਮਹੀਨਾ। ਇਸੇ ਕਾਰਨ ਦੁਨੀਆ ਦੇ ਵੱਖ ਵੱਖ ਮੁਲਕਾਂ ਵਿੱਚ ਵਸੇ ਹੋਏ ਪਰਵਾਸੀ ਪੰਜਾਬੀ ਦਿਵਾਲੀ ਮੌਕੇ ਆਪਣੇ ਪਿੰਡ ਵਾਲੇ ਜੱਦੀ ਘਰ ਗੇੜਾ ਮਾਰਦੇ ਹਨ। ਪਰਿਵਾਰ ਨੂੰ ਮਿਲ ਕੇ ਪਰਵਾਸੀ ਪੰਜਾਬੀਆਂ ਦੇ ਨਾਲ ਨਾਲ ਪਰਿਵਾਰ ਵਾਲਿਆਂ ਦੀ ਖੁਸ਼ੀ ਵੀ ਵੇਖਣ ਵਾਲੀ ਹੁੰਦੀ ਹੈ।

ਹੁਣ ਨਾ ਤਾਂ ਪਹਿਲਾਂ ਵਰਗਾ ਵਾਤਾਵਰਣ ਰਿਹਾ ਹੈ ਤੇ ਨਾ ਸ਼ੁੱਧ ਪੌਣ ਪਾਣੀ। ਨਾ ਹੁਣ ਪਹਿਲਾਂ ਵਰਗਾ ਅੰਮ੍ਰਿਤ ਵੇਲਾ ਤੇ ਸਰਘੀ ਵੇਲਾ ਰਿਹਾ ਹੈ ਤੇ ਨਾ ਛਾਹ ਵੇਲਾ। ਹਰ ਪਾਸੇ ਫੈਲੀ ਆਪਾ-ਧਾਪੀ ਦੇ ਇਸ ਦੌਰ ਵਿੱਚ ਕਿਸੇ ਕੋਲ ਏਨਾ ਕੁ ਸਮਾਂ ਨਹੀਂ ਕਿ ਉਹ ਆਪਣੇ ਪਿੰਡ ਵਾਸੀਆਂ, ਸ਼ਹਿਰ ਵਾਸੀਆਂ ਨਾਲ ਬਹਿ ਕੇ ਕੁਝ ਸਮਾਂ ਕੁਦਰਤ ਦੀ ਗੋਦ ਵਿੱਚ ਗੁਜ਼ਾਰ ਸਕੇ। ਹਰ ਕੋਈ ਹੁਣ ਕੰਕਰੀਟ ਦੇ ਜੰਗਲਾਂ ਵਿੱਚ ਬਣਾਏ ਕੋਠੀ ਨੁਮਾ ਘੁਰਨਿਆਂ ਵਿੱਚ ਵੜ ਕੇ ਆਪਣੇ ਆਪ ਤਕ ਸੀਮਿਤ ਜਿਹਾ ਹੋ ਗਿਆ ਹੈ, ਜਿਸ ਕਰਕੇ ਅਨੇਕਾਂ ਲੋਕਾਂ ਨੂੰ ਹੁਣ ਕੱਤਕ ਮਹੀਨੇ ਦੀਆਂ ਮੌਜਾਂ ਮਾਨਣ ਦੀ ਵਿਹਲ ਨਹੀਂ ਮਿਲਦੀ।

ਕੱਤਕ ਮਹੀਨੇ ਦੀ ਸ਼ੁਰੂਆਤ ਮੌਕੇ ਸਾਰੇ ਪੰਜਾਬੀਆਂ ਨੂੰ ਚਾਹੀਦਾ ਹੈ ਕਿ ਉਹ ਖੁਦ ਵੀ ਆਪਣੇ ਵਿਰਸੇ ਅਤੇ ਕੁਦਰਤ ਨਾਲ ਜੁੜਨ ਅਤੇ ਆਪਣੇ ਬੱਚਿਆਂ ਨੂੰ ਵੀ ਪੰਜਾਬ ਦੇ ਅਮੀਰ ਵਿਰਸੇ ਅਤੇ ਕੁਦਰਤ ਨਾਲ ਜੋੜਨ। ਕੱਤਕ ਮਹੀਨੇ ਦੌਰਾਨ ਸਮੂਹ ਪੰਜਾਬੀਆਂ ਨੂੰ ਪੰਜਾਬ ਵਿੱਚ ਵਹਿ ਰਹੇ ਪਰਵਾਸ ਦੇ ਸੱਤਵੇਂ ਦਰਿਆ ਨੂੰ ਠੱਲਖ਼ ਪਾਉਣ ਲਈ ਵੀ ਸਿਰ ਜੋੜ ਕੇ ਮੰਥਨ ਕਰਨ ਦੀ ਲੋੜ ਹੈ ਤਾਂ ਕਿ ਸੱਤ ਸਮੁੰਦਰ ਪਾਰ ਗਏ ਉਹਨਾਂ ਦੇ ਬੱਚੇ ਆਪਣੇ ਵਤਨ, ਆਪਣੀ ਮਾਂ ਬੋਲੀ, ਆਪਣੇ ਅਮੀਰ ਵਿਰਸੇ ਅਤੇ ਆਪਣੀ ਜੱਦੀ ਜ਼ਮੀਨ ਨਾਲ ਜੁੜੇ ਰਹਿ ਸਕਣ।

ਕੱਤਕ ਮਹੀਨੇ ਦੂਰ ਦੇ ਦੇਸ਼ਾਂ ਦੇਸਾਂਤਰਾਂ ਤੋਂ ਆਉਂਦੀਆਂ ਕੂੰਜਾਂ ਵਾਂਗ ਪੰਜਾਬੀਆਂ ਦੇ ਸੱਤ ਸਮੁੰਦਰ ਪਾਰ ਗਏ ਬੱਚਿਆਂ ਨੂੰ ਵੀ ਚਾਹੀਦਾ ਹੈ ਕਿ ਉਹ ਕੱਤਕ ਮਹੀਨੇ ਆਪਣੇ ਵਤਨਾਂ ਨੂੰ ਗੇੜਾ ਮਾਰਨ ਤਾਂ ਕਿ ਪੰਜਾਬ ਦੇ ਪਿੰਡਾਂ ਵਿੱਚ ਉਹਨਾਂ ਬਿਨਾਂ ਸੁੰਨੇ ਪਏ ਉਹਨਾਂ ਦੇ ਮਹੱਲ ਮੁਨਾਰਿਆਂ ਅਤੇ ਜੱਦੀ ਘਰਾਂ ਵਿੱਚ ਮੁੜ ਰੌਣਕਾਂ ਲੱਗਣ।

ਜਗਮੋਹਨ ਸਿੰਘ ਲੱਕੀ

ਮੋ: 9463819174

Continue Reading

Latest News

Trending