Connect with us

Chandigarh

ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿੱਲ 2026 ਨਾਲ ਜੇਲ੍ਹਾਂ ਸਿਰਫ ਸਜ਼ਾ ਨਹੀਂ, ਸੁਧਾਰ ਅਤੇ ਇੱਜ਼ਤ ਦੇ ਕੇਂਦਰ ਬਣਨਗੀਆਂ: ਡਾ. ਰਵਜੋਤ ਸਿੰਘ

Published

on

ਚੰਡੀਗੜ੍ਹ, 2 ਮਈ (ਸ.ਬ.) ਪੰਜਾਬ ਦੇ ਜੇਲ੍ਹਾਂ, ਐਨ ਆਰਆਈ ਮਾਮਲੇ ਅਤੇ ਸੰਸਦੀ ਕਾਰਜ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿੱਲ, 2026 ਤਿਆਰ ਕੀਤਾ ਗਿਆ ਹੈ, ਜੋ ਸੂਬੇ ਦੀ ਮੌਜੂਦਾ ਜੇਲ੍ਹ ਪ੍ਰਸ਼ਾਸਨ ਪ੍ਰਣਾਲੀ ਨੂੰ ਆਧੁਨਿਕ, ਤਕਨੀਕੀ ਅਤੇ ਮਨੁੱਖੀ ਦਿਸ਼ਾ ਦੇਵੇਗਾ।

ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ੲਹ ਬਿੱਲ ਪੁਰਾਣੇ ਪ੍ਰਿਜ਼ਨ ਐਕਟ, 1894 ਦੀ ਥਾਂ ਲਵੇਗਾ, ਜੋ ਮੁੱਖ ਤੌਰ ਤੇ ਹਿਰਾਸਤ ਅਤੇ ਅਨੁਸ਼ਾਸਨ ਤੱਕ ਸੀਮਿਤ ਸੀ ਅਤੇ ਆਧੁਨਿਕ ਚੁਣੌਤੀਆਂ ਤੋਂ ਪੂਰੀ ਤਰ੍ਹਾਂ ਸੱਖਣਾ ਸੀ। ਉਹਨਾਂ ਕਿਹਾ ਕਿ ਨਵਾਂ ਬਿੱਲ ਜੇਲ੍ਹਾਂ ਨੂੰ ਸਿਰਫ ਕੈਦਖਾਨਿਆਂ ਤੋਂ ਬਦਲ ਕੇ ਸੁਧਾਰ, ਪੁਨਰਵਾਸ ਅਤੇ ਸਮਾਜਿਕ ਪੁਨਰ-ਇਕਤੀਕਰਨ ਦੇ ਕੇਂਦਰਾਂ ਵਿੱਚ ਤਬਦੀਲ ਕਰਨ ਤੇ ਕੇਂਦਰਿਤ ਹੈ। ਇਸ ਵਿੱਚ ਬੰਦੀਆਂ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ, ਪਾਰਦਰਸ਼ਤਾ ਅਤੇ ਜ਼ਿੰਮੇਵਾਰੀ ਨੂੰ ਵਧਾਉਣ ਅਤੇ ਸੁਰੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕਈ ਪ੍ਰਬੰਧ ਕੀਤੇ ਗਏ ਹਨ।

ਮੰਤਰੀ ਨੇ ਕਿਹਾ ਕਿ ਬਿੱਲ ਵਿੱਚ ਜੇਲ੍ਹਾਂ ਵਿੱਚ ਆਧੁਨਿਕ ਤਕਨੀਕ ਦਾ ਵਿਆਪਕ ਇਸਤੇਮਾਲ ਯਕੀਨੀ ਬਣਾਇਆ ਗਿਆ ਹੈ, ਜਿਸ ਵਿੱਚ ਈ-ਪ੍ਰਿਜ਼ਨ ਸਿਸਟਮ, ਡਿਜ਼ਿਟਲ ਰਿਕਾਰਡ ਪ੍ਰਬੰਧਨ, ਬਾਇਓਮੈਟਰਿਕ ਪਹਿਚਾਣ, ਵੀਡੀਓ ਕਾਨਫਰੰਸਿੰਗ, ਏ.ਆਈ. ਆਧਾਰਿਤ ਸੀਸੀਟੀਵੀ ਨਿਗਰਾਨੀ, ਆਰ.ਐਫ.ਆਈ.ਡੀ. ਟ੍ਰੈਕਿੰਗ ਅਤੇ ਐਂਟੀ-ਡ੍ਰੋਨ ਸਿਸਟਮ ਸ਼ਾਮਲ ਹਨ, ਜੋ ਜੇਲ੍ਹ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ ਅਤੇ ਕਾਰਗੁਜ਼ਾਰੀ ਨੂੰ ਕਾਫੀ ਵਧਾਉਣਗੇ।

ਉਨ੍ਹਾਂ ਕਿਹਾ ਕਿ ਉਚ-ਖਤਰੇ ਵਾਲੇ ਕੈਦੀਆਂ ਲਈ ਹਾਈ-ਸਿਕਿਊਰਟੀ ਜ਼ੋਨ ਬਣਾਏ ਜਾਣਗੇ, ਤਾਂ ਜੋ ਹੋਰ ਕੈਦੀਆਂ ਤੇ ਨਕਾਰਾਤਮਕ ਪ੍ਰਭਾਵ ਨਾ ਪਵੇ। ਇਸ ਦੇ ਨਾਲ ਹੀ ਅੰਦਰੂਨੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਰਿਸਰਚ, ਐਨਾਲਿਸਿਸ ਅਤੇ ਇੰਟੈਲੀਜੈਂਸ (ਆਰ.ਏ.ਆਈ.) ਵਿੰਗ ਸਥਾਪਿਤ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਬਿੱਲ ਵਿੱਚ ਉਮਰ, ਲਿੰਗ, ਅਪਰਾਧਿਕ ਪਿਛੋਕੜ, ਸਿਹਤ ਅਤੇ ਵਿਵਹਾਰ ਦੇ ਆਧਾਰ ਤੇ ਬੰਦੀਆਂ ਦੀ ਵਿਗਿਆਨਕ ਵਰਗੀਕਰਨ ਦੀ ਵਿਵਸਥਾ ਹੈ। ਇਸ ਦੇ ਨਾਲ ਹੀ ਮਹਿਲਾਵਾਂ, ਟ੍ਰਾਂਸਜੈਂਡਰ ਵਿਅਕਤੀਆਂ, ਬਜ਼ੁਰਗ ਅਤੇ ਬਿਮਾਰ ਕੈਦੀਆਂ ਲਈ ਵੱਖਰੀ ਰਿਹਾਇਸ਼, ਮਹਿਲਾ ਸਟਾਫ ਦੀ ਤਾਇਨਾਤੀ ਅਤੇ ਗਰਭਵਤੀ ਮਹਿਲਾਵਾਂ ਅਤੇ ਬੱਚਿਆਂ ਲਈ ਯੋਗ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਕੈਬਿਨਟ ਮੰਤਰੀ ਨੇ ਕਿਹਾ ਕਿ ਹਰ ਜੇਲ੍ਹ ਵਿੱਚ ਮੈਡੀਕਲ ਸੁਵਿਧਾਵਾਂ, ਨਿਯਮਿਤ ਸਿਹਤ ਜਾਂਚ, ਟੀਬੀ, ਐਚਆਈਵੀ ਅਤੇ ਨਸ਼ੇ ਨਾਲ ਸੰਬੰਧਿਤ ਬਿਮਾਰੀਆਂ ਦੀ ਸਕ੍ਰੀਨਿੰਗ, ਡੀ-ਐਡਿਕਸ਼ਨ ਕੇਂਦਰ ਅਤੇ ਮਾਨਸਿਕ ਸਿਹਤ ਤੇ ਖਾਸ ਧਿਆਨ ਦਿੱਤਾ ਜਾਵੇਗਾ। ਬਿਲ ਵਿੱਚ ਸਿੱਖਿਆ ਅਤੇ ਹੁਨਰ ਵਿਕਾਸ ਨੂੰ ਵੀ ਤਰਜੀਹ ਦਿੱਤੀ ਗਈ ਹੈ, ਜਿਸ ਤਹਿਤ ਕੈਦੀਆਂ ਨੂੰ ਸਿੱਖਿਆ, ਲਾਇਬ੍ਰੇਰੀ ਅਤੇ ਵੋਕੇਸ਼ਨਲ ਟ੍ਰੇਨਿੰਗ ਦੀ ਸਹੂਲਤ ਮਿਲੇਗੀ, ਤਾਂ ਜੋ ਉਹ ਸਮਾਜ ਵਿੱਚ ਵਾਪਸੀ ਲਈ ਤਿਆਰ ਹੋ ਸਕਣ। ਜੇਲ੍ਹ ਉਦਯੋਗ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ ਅਤੇ ਹੁਨਰ ਦੇ ਆਧਾਰ ਤੇ ਮਜ਼ਦੂਰੀ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਜੇਲ੍ਹਾਂ ਅੰਦਰ ਅਪਰਾਧਾਂ ਲਈ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਭੱਜਣ ਦੀ ਕੋਸ਼ਿਸ਼, ਅਧਿਕਾਰੀਆਂ ਨੂੰ ਧਮਕਾਉਣਾ ਜਾਂ ਮਨਾਹੀਸ਼ੁਦਾ ਸਮਾਨ ਦੀ ਸਮੱਗਲਿੰਗ ਨੂੰ ਗੰਭੀਰ ਅਪਰਾਧ ਮੰਨਿਆ ਜਾਵੇਗਾ। ਬਿੱਲ ਵਿੱਚ ਖੁੱਲ੍ਹੀਆਂ ਅਤੇ ਅੱਧ-ਖੁੱਲ੍ਹੀਆਂ ਜੇਲ੍ਹਾਂ ਦੀ ਸਥਾਪਨਾ ਦਾ ਪ੍ਰਸਤਾਵ ਹੈ, ਤਾਂ ਜੋ ਯੋਗ ਬੰਦੀਆਂ ਨੂੰ ਹੌਲੀ-ਹੌਲੀ ਸਮਾਜ ਵਿੱਚ ਦੁਬਾਰਾ ਸ਼ਾਮਲ ਕੀਤਾ ਜਾ ਸਕੇ। ਇਸ ਨਾਲ ਹੀ ਰਿਹਾਈ ਤੋਂ ਬਾਅਦ ਪੁਨਰਵਾਸ ਅਤੇ ਆਫਟਰਕੇਅਰ ਸੇਵਾਵਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ।

Continue Reading

Chandigarh

ਦੂਜੇ ਸੂਬਿਆਂ ਅਤੇ ਵਿਦੇਸ਼ਾਂ ਵਿੱਚ ਲੁਕੇ ਗੈਂਗਸਟਰਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ ਪੰਜਾਬ ਪੁਲੀਸ : ਗੌਰਵ ਯਾਦਵ

Published

on

By

ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ਬਣਾਇਆ ਸੂਬੇ ਦਾ ਰੈਗੂਲਰ ਡੀ ਜੀ ਪੀ

ਚੰਡੀਗੜ੍ਹ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਨੇ 1992 ਬੈਚ ਦੇ ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਤੇ 13 ਅਕਤੂਬਰ ਨੂੰ ਸੁਣਵਾਈ ਹੋਣੀ ਹੈ ਅਤੇ ਉਸ ਤੋਂ ਪਹਿਲਾਂ ਹੀ ਅੱਜ ਪੰਜਾਬ ਸਰਕਾਰ ਨੇ ਅੱਜ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ।

ਅਹੁਦਾ ਸੰਭਾਲਣ ਤੋਂ ਬਾਅਦ ਡੀ ਜੀ ਪੀ ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਸੂਬੇ ਵਿੱਚ ਕੋਈ ਥਾਂ ਨਹੀਂ ਹੈ। ਉਹ ਦੇਸ਼ ਦੇ ਕਿਸੇ ਵੀ ਹਿੱਸੇ ਜਾਂ ਵਿਦੇਸ਼ ਵਿੱਚ ਲੁਕੇ ਹੋਣ, ਪੰਜਾਬ ਪੁਲੀਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣਾ ਪੁਲੀਸ ਦੀ ਤਰਜੀਹ ਹੈ। ਦੇਸ਼ ਵਿਰੋਧੀ ਅਨਸਰਾਂ ਨੂੰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈਟਵਰਕ ਵਿਰੁੱਧ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ। ਪੁਲੀਸ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਨਸ਼ਾ ਤਸਕਰੀ ਦੇ ਨੈਟਵਰਕ ਨੂੰ ਤੋੜਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ।

ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਜੁਲਾਈ 2022 ਤੋਂ ਕਾਰਜਕਾਰੀ ਡੀਜੀਪੀ ਵਜੋਂ ਸੇਵਾਵਾਂ ਨਿਭਾ ਰਹੇ ਹਨ। ਪੰਜਾਬ ਪੁਲੀਸ ਦੇ ਮੁਖੀ ਵਜੋਂ ਨਿਯੁਕਤੀ ਲਈ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਸੂਚੀਬੱਧ ਕੀਤੇ ਗਏ ਤਿੰਨ ਅਧਿਕਾਰੀਆਂ ਵਿੱਚ ਉਨ੍ਹਾਂ ਦਾ ਨਾਂ ਸ਼ਾਮਲ ਹੈ ਜਦੋਂ ਕਿ ਇਸ ਪੈਨਲ ਵਿੱਚ ਦੋ ਅਧਿਕਾਰੀ ਸ਼ਰਦ ਸੱਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਸ਼ਾਮਲ ਹਨ। ਪੈਨਲ ਮਿਲਣ ਤੋਂ ਬਾਅਦ ਜੁਲਾਈ ਮਹੀਨੇ ਤੋਂ ਰੈਗੂਲਰ ਡੀ ਜੀ ਪੀ ਦੀ ਨਿਯੁਕਤੀ ਲਟਕੀ ਹੋਈ ਸੀ।

ਇਸ ਸੰਬੰਧੀ ਐਡਵੋਕੇਟ ਨਿਖਿਲ ਥਮਨ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪੰਜਾਬ ਵਿੱਚ ਲੰਮੇ ਸਮੇਂ ਤੋਂ ਕਾਰਜਕਾਰੀ ਡੀ ਜੀ ਪੀ ਹੋਣ ਦੀ ਵਿਵਸਥਾ ਨੂੰ ਚੁਣੌਤੀ ਦਿੱਤੀ ਸੀ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਪਹਿਲੀ ਅਕਤੂਬਰ ਨੂੰ ਪੰਜਾਬ ਸਰਕਾਰ ਨੂੰ ਰੈਗੂਲਰ ਡੀਜੀਪੀ ਦੀ ਨਿਯੁਕਤੀ ਬਾਰੇ ਢੁਕਵਾਂ ਫ਼ੈਸਲਾ ਲੈਣ ਦੇ ਆਦੇਸ਼ ਦਿੱਤੇ ਸਨ। ਹਾਈ ਕੋਰਟ ਨੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੂੰ 13 ਅਕਤੂਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੱਕ ਅਦਾਲਤ ਵਿੱਚ ਇਸ ਸਬੰਧੀ ਪਾਲਣਾ ਸਬੰਧੀ ਹਲਫ਼ਨਾਮਾ ਪੇਸ਼ ਕਰਨ ਦੀ ਹਦਾਇਤ ਕੀਤੀ ਸੀ। ਜਿਕਰਯੋਗ ਹੈ ਕਿ ਗੌਰਵ ਯਾਦਵ ਜੁਲਾਈ 2022 ਤੋਂ ਬਤੌਰ ਕਾਰਜਕਾਰੀ ਡੀਜੀਪੀ ਕੰਮ ਕਰ ਰਹੇ ਹਨ। ਉਨ੍ਹਾਂ ਦੀ ਸੇਵਾਮੁਕਤੀ 30 ਅਪਰੈਲ 2029 ਨੂੰ ਹੋਣੀ ਹੈ।

Continue Reading

Chandigarh

ਮੁੱਖ ਮੰਤਰੀ ਮਾਨ ਦੇ ਓ ਐਸ ਡੀ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

Published

on

By

ਚੰਡੀਗੜ੍ਹ, 9 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਰਾਜਬੀਰ ਘੁੰਮਣ ਨੂੰ ਸੀ. ਬੀ. ਆਈ. ਦੀ ਐਫ਼. ਆਈ. ਆਰ. ਅਤੇ ਉਨ੍ਹਾਂ ਦੇ ਜੱਦੀ ਘਰ ਦੀ ਤਲਾਸ਼ੀ ਦੇ ਮਾਮਲੇ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਫ਼ਿਲਹਾਲ ਰਾਹਤ ਨਹੀਂ ਮਿਲੀ ਹੈ। ਕੇਂਦਰੀ ਜਾਂਚ ਬਿਊਰੋ ਵੱਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਚੁਣੌਤੀ ਦਿੰਦਿਆਂ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।

ਪਟੀਸ਼ਨ ਤੇ ਸੁਣਵਾਈ ਕਰਦਿਆਂ ਹਾਈ ਕੋਰਟ ਦੇ ਸਿੰਗਲ ਬੈਂਚ ਨੇ ਕੋਈ ਵੀ ਅੰਤਰਿਮ ਰਾਹਤ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਅਦਾਲਤ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੂਰਾ ਕੇਸ ਅਗਲੇਰੀ ਕਾਰਵਾਈ ਅਤੇ ਦਿਸ਼ਾ-ਨਿਰਦੇਸ਼ਾਂ ਲਈ ਹਾਈ ਕੋਰਟ ਦੇ ਮਾਨਯੋਗ ਚੀਫ਼ ਜਸਟਿਸ ਕੋਲ ਭੇਜਣ ਦੇ ਹੁਕਮ ਦਿੱਤੇ ਹਨ। ਜਸਟਿਸ ਜੇ. ਐਸ. ਬੇਦੀ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਬੈਂਚ ਸਾਹਮਣੇ ਸੁਣਵਾਈ ਲਈ ਢੁੱਕਵਾਂ ਨਹੀਂ ਹੈ, ਕਿਉਂਕਿ ਸੰਬੰਧਿਤ ਐਫ਼. ਆਈ. ਆਰ. ਦਰਜ ਕਰਨ ਦੇ ਨਿਰਦੇਸ਼ ਹਾਈ ਕੋਰਟ ਦੇ ਡਵੀਜ਼ਨ ਬੈਂਚ ਨੇ ਦਿੱਤੇ ਸਨ। ਅਦਾਲਤ ਨੇ ਪਟੀਸ਼ਨਰ ਨੂੰ ਢੁੱਕਵੇਂ ਮੰਚ ਤੇ ਜਾਣ ਦੀ ਸਲਾਹ ਦਿੱਤੀ।

ਘੁੰਮਣ ਨੇ ਆਪਣੀ ਪਟੀਸ਼ਨ ਵਿਚ ਦਾਅਵਾ ਕੀਤਾ ਹੈ ਕਿ ਉਨ੍ਹਾਂ ਵਿਰੁੱਧ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 17-ਏ ਤਹਿਤ ਪੰਜਾਬ ਸਰਕਾਰ ਤੋਂ ਲਾਜ਼ਮੀ ਅਗੇਤੀ ਮੰਨਜ਼ੂਰੀ ਨਹੀਂ ਲਈ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਸੀ.ਬੀ.ਆਈ. ਦੀ ਜਾਂਚ ਸਰਕਾਰੀ ਕੰਮਕਾਜ ਅਤੇ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਨਾਲ ਜੁੜੇ ਕਥਿਤ ਫ਼ੈਸਲਿਆਂ ਬਾਰੇ ਹੈ, ਇਸ ਲਈ ਇਸ ਮਾਮਲੇ ਵਿਚ ਉਕਤ ਧਾਰਾ ਦੀ ਸੁਰੱਖਿਆ ਲਾਗੂ ਹੁੰਦੀ ਹੈ।

Continue Reading

Chandigarh

ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ

Published

on

By

ਮੁੱਖ ਮੰਤਰੀ ਦਫ਼ਤਰ ਵਿੱਚ ਸੀ ਬੀ ਆਈ ਜਾਂਚ ਦੇ ਖ਼ਿਲਾਫ਼ ਪਟੀਸ਼ਨ ਦੀ ਸੁਣਵਾਈ ਮੁਲਤਵੀ

ਚੰਡੀਗੜ੍ਹ, 8 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਤੋਂ ਜਾਂਚ ਕਰਵਾਉਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪੰਜਾਬ ਸਰਕਾਰ ਦੀ ਪਟੀਸ਼ਨ ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਸ਼ੁੱਕਰਵਾਰ ਤੱਕ ਟਲ ਗਈ ਹੈ। ਸੁਪਰੀਮ ਕੋਰਟ ਦੇ ਬੈਂਚ ਨੇ ਕਿਹਾ ਕਿ ਮਾਮਲੇ ਦੀ ਸੁਣਵਾਈ ਕੱਲ੍ਹ ਕੀਤੀ ਜਾਵੇਗੀ, ਕਿਉਂਕਿ ਜਸਟਿਸ ਸ਼ੀਲ ਨਾਗੂ ਨੂੰ ਸੰਬੰਧਿਤ ਫਾਈਲ ਦੇਰ ਨਾਲ ਪ੍ਰਾਪਤ ਹੋਈ ਹੈ।

ਮਾਮਲੇ ਦੀ ਸੁਣਵਾਈ ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਸ਼ੀਲ ਨਾਗੂ ਦੇ ਬੈਂਚ ਸਾਹਮਣੇ ਹੋਈ। ਸੁਣਵਾਈ ਸ਼ੁਰੂ ਹੁੰਦਿਆਂ ਹੀ ਜਸਟਿਸ ਦੱਤਾ ਨੇ ਕਿਹਾ ਕਿ ਮਾਮਲੇ ਨੂੰ ਕੱਲ੍ਹ ਲਿਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਸੀਨੀਅਰ ਵਕੀਲ ਵਿਕਾਸ ਸਿੰਘ ਨੇ ਸੀ. ਬੀ. ਆਈ. ਵੱਲੋਂ ਕਿਸੇ ਵੀ ਤਤਕਾਲੀ ਕਾਰਵਾਈ ਤੇ ਰੋਕ ਲਗਾਉਣ ਲਈ ਅੰਤਰਿਮ ਹੁਕਮ ਜਾਰੀ ਕਰਨ ਦੀ ਮੰਗ ਕੀਤੀ। ਇਸ ਤੇ ਜਸਟਿਸ ਦੱਤਾ ਨੇ ਕਿਹਾ ਕਿ ਜਦੋਂ ਦੂਜੇ ਜੱਜ ਨੂੰ ਫਾਈਲ ਦੇਖਣ ਦਾ ਮੌਕਾ ਹੀ ਨਹੀਂ ਮਿਲਿਆ ਹੈ ਤਾਂ ਅੰਤਰਿਮ ਹੁਕਮ ਕਿਵੇਂ ਪਾਸ ਕੀਤਾ ਜਾ ਸਕਦਾ ਹੈ।

ਪੰਜਾਬ ਸਰਕਾਰ ਨੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੇ ਗਏ ਹੁਕਮ ਦੇ ਖ਼ਿਲਾਫ਼ ਵਿਸ਼ੇਸ਼ ਇਜਾਜ਼ਤ ਪਟੀਸ਼ਨ ਦਾਖ਼ਲ ਕੀਤੀ ਹੈ। ਹਾਈ ਕੋਰਟ ਦੇ ਮੁੱਖ ਜੱਜ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਕਾਰਜ ਅਧਿਕਾਰੀ (ਓ. ਐਸ. ਡੀ.) ਰਾਜਬੀਰ ਸਿੰਘ ਘੁੰਮਣ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਲਈ ਸੀ. ਬੀ. ਆਈ. ਨੂੰ ਅਪਰਾਧਿਕ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ ਸਨ। ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਨੂੰ ਵੀ ਨਿਰਪੱਖ ਜਾਂਚ ਲਈ ਸੀ. ਬੀ. ਆਈ. ਨੂੰ ਹਰ ਸੰਭਵ ਸਹਾਇਤਾ ਉਪਲਬਧ ਕਰਵਾਉਣ ਦਾ ਹੁਕਮ ਦਿੱਤਾ ਸੀ। ਇਹ ਹੁਕਮ ਵਕੀਲ ਨਿਖਿਲ ਸਰਾਫ਼ ਵੱਲੋਂ ਦਾਇਰ ਜਨਹਿਤ ਪਟੀਸ਼ਨ ਤੇ ਸੁਣਵਾਈ ਦੌਰਾਨ ਦਿੱਤਾ ਗਿਆ ਸੀ।

ਜਨਹਿਤ ਪਟੀਸ਼ਨ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਪੰਜਾਬ ਪੁਲੀਸ ਨੂੰ ਕਥਿਤ ਭ੍ਰਿਸ਼ਟਾਚਾਰ ਦੇ ਸੰਬੰਧ ਵਿੱਚ ਸੂਚਨਾ ਦਿੱਤੇ ਜਾਣ ਦੇ ਬਾਵਜੂਦ ਪੁਲੀਸ ਨੇ ਉਚਿਤ ਕਾਰਵਾਈ ਨਹੀਂ ਕੀਤੀ। ਸੁਣਵਾਈ ਦੌਰਾਨ ਸਾਹਮਣੇ ਆਇਆ ਸੀ ਕਿ ਈ.ਡੀ. ਨੇ ਨਿਤਿਨ ਗੋਹਲ ਨਾਮਕ ਵਿਅਕਤੀ ਨਾਲ ਜੁੜੇ ਦੋਸ਼ਾਂ ਨੂੰ ਵੀ ਚਿੰਨ੍ਹਿਤ ਕੀਤਾ ਸੀ। ਦੋਸ਼ ਹੈ ਕਿ ਉਹ ਪੰਜਾਬ ਸਰਕਾਰ ਤੋਂ ਵੱਖ-ਵੱਖ ਤਰ੍ਹਾਂ ਦੇ ਲਾਭ ਲੈਣ ਦੇ ਇੱਛੁਕ ਲੋਕਾਂ ਅਤੇ ਸੰਬੰਧਿਤ ਧਿਰਾਂ ਵਿਚਕਾਰ ਵਿਚੋਲੇ ਵਜੋਂ ਕੰਮ ਕਰਦਾ ਸੀ। ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਤਬਾਲਿਆਂ ਵਿੱਚ ਮਦਦ, ਗੁਪਤ ਸਰਕਾਰੀ ਦਸਤਾਵੇਜ਼ਾਂ ਤੱਕ ਪਹੁੰਚ ਦਿਵਾਉਣ, ਹਥਿਆਰਾਂ ਦੇ ਲਾਇਸੈਂਸ ਹਾਸਲ ਕਰਵਾਉਣ ਅਤੇ ਹੋਰ ਲਾਭ ਦਿਵਾਉਣ ਵਰਗੀਆਂ ਗੱਲਾਂ ਸ਼ਾਮਲ ਹਨ। ਹਾਈ ਕੋਰਟ ਨੇ ਉਪਲਬਧ ਸਮੱਗਰੀ ਤੇ ਵਿਚਾਰ ਕਰਨ ਤੋਂ ਬਾਅਦ ਸੀ. ਬੀ. ਆਈ. ਨੂੰ ਅਪਰਾਧਿਕ ਮਾਮਲਾ ਦਰਜ ਕਰਕੇ ਜਾਂਚ ਦੇ ਨਿਰਦੇਸ਼ ਦਿੱਤੇ ਸਨ।

ਇਸ ਉਪਰੰਤ ਮੰਗਲਵਾਰ ਨੂੰ, ਸੀਨੀਅਰ ਵਕੀਲ ਵਿਕਾਸ ਸਿੰਘ ਨੇ ਭਾਰਤ ਦੇ ਚੀਫ਼ ਜਸਟਿਸ ਦੇ ਸਾਹਮਣੇ ਮਾਮਲੇ ਦੀ ਤੁਰੰਤ ਸੁਣਵਾਈ ਦੀ ਮੰਗ ਕੀਤੀ ਸੀ। ਉਨ੍ਹਾਂ ਦਾਅਵਾ ਕੀਤਾ ਕਿ ਇਹ ਮਾਮਲਾ ਰਾਜਨੀਤਿਕ ਤੌਰ ਤੇ ਪ੍ਰੇਰਿਤ ਹੈ ਅਤੇ ਰਾਜ ਵਿਧਾਨਸਭਾ ਚੋਣਾਂ ਨੇੜੇ ਆਉਣ ਕਾਰਨ ਇਸਦੀ ਪੈਰਵੀ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮ ਨੂੰ ਸੁਪਰੀਮ ਕੋਰਟ ਦੇ ਵਿਜੇ ਮਦਨਲਾਲ ਚੌਧਰੀ ਮਾਮਲੇ ਵਿੱਚ ਦਿੱਤੇ ਗਏ ਫ਼ੈਸਲੇ ਦੇ ਉਲਟ ਦੱਸਦਿਆਂ ਚੁਣੌਤੀ ਦਿੱਤੀ ਹੈ। ਮੁੱਖ ਜੱਜ ਨੇ ਮੰਗਲਵਾਰ ਨੂੰ ਉਸੇ ਦਿਨ ਸੁਣਵਾਈ ਦੀ ਮੰਗ ਸਵੀਕਾਰ ਨਹੀਂ ਕੀਤੀ ਸੀ ਪਰ ਵੀਰਵਾਰ ਨੂੰ ਮਾਮਲੇ ਨੂੰ ਸੂਚੀਬੱਧ ਕਰਨ ਤੇ ਸਹਿਮਤੀ ਜਤਾਈ ਸੀ। ਹੁਣ ਸੁਪਰੀਮ ਕੋਰਟ ਵਿੱਚ ਇਸ ਮਾਮਲੇ ਤੇ ਕੱਲ੍ਹ ਸੁਣਵਾਈ ਹੋਵੇਗੀ।

Continue Reading

Latest News

Trending