Chandigarh
ਵੱਡੇ ਨਸ਼ਾ ਤਸਕਰਾਂ ਤੇ ਕਾਰਵਾਈ ਕਰਨ ਵਿੱਚ ਭਗਵੰਤ ਮਾਨ ਸਰਕਾਰ ਨਾਕਾਮ : ਕੈਂਥ
ਚੰਡੀਗੜ੍ਹ, 9 ਮਈ (ਸ.ਬ.) ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਇਲਜਾਮ ਲਗਾਇਆ ਹੈ ਕਿ ਪੰਜਾਬ ਭਗਵੰਤ ਮਾਨ ਸਰਕਾਰ ਵੱਡੇ ਨਸ਼ਾ ਤਸਕਰਾਂ ਤੇ ਕਾਰਵਾਈ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਹੈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਰਾਸ਼ਟਰੀ ਅਪਰਾਧ ਰਿਕਾਰਡ ਬਿਊਰੋ (ਐਨਸੀਆਰਬੀ) ਦੀ ਤਾਜ਼ਾ ਰਿਪੋਰਟ ਵਿੱਚ ਪੰਜਾਬ ਨੂੰ ਡਰੱਗ ਓਵਰਡੋਜ਼ ਮੌਤਾਂ ਦੇ ਮਾਮਲਿਆਂ ਵਿੱਚ ਦੇਸ਼ ਵਿੱਚ ਦੂਜੇ ਸਥਾਨ ਤੇ ਦਰਸਾਇਆ ਗਿਆ ਹੈ ਅਤੇ ਪੰਜਾਬ ਵਿੱਚ ਵਧ ਰਹੇ ਨਸ਼ੇ ਦੇ ਮਾਮਲਿਆਂ ਤੇ ਸੁਪਰੀਮ ਕੋਰਟ ਵੱਲੋਂ ਗੰਭੀਰ ਟਿੱਪਣੀਆਂ ਕੀਤੀਆਂ ਗਈਆਂ ਹਨ ਜਿਸ ਨਾਲ ਇਹ ਸਾਬਿਤ ਹੁੰਦਾ ਹੈ ਕਿ ਸਰਕਾਰ ਸਿਰਫ ਹਵਾ ਹਵਾਈ ਦਾਅਵੇ ਕਰ ਰਹੀ ਹੈ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਖ਼ਿਲਾਫ਼ ਲਗਾਤਾਰ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਪਰ ਜ਼ਮੀਨੀ ਹਕੀਕਤ ਇਸ ਤੋਂ ਬਿਲਕੁਲ ਵੱਖਰੀ ਹੈ। ਉਨ੍ਹਾਂ ਕਿਹਾ ਕਿ ਸਾਲ 2023 ਵਿੱਚ 89 ਮੌਤਾਂ ਦੇ ਮੁਕਾਬਲੇ ਸਾਲ 2024 ਵਿੱਚ 106 ਲੋਕਾਂ ਦੀ ਡਰੱਗ ਓਵਰਡੋਜ਼ ਕਾਰਨ ਮੌਤ ਹੋਣਾ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਸੂਬੇ ਵਿੱਚ ਨਸ਼ਾ ਮਾਫੀਆ ਅਜੇ ਵੀ ਸਰਗਰਮ ਹੈ ਅਤੇ ਸਰਕਾਰ ਸਥਿਤੀ ਤੇ ਕਾਬੂ ਪਾਉਣ ਵਿੱਚ ਅਸਫਲ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦਾ ਐਨ ਡੀ ਪੀ ਐਸ ਐਕਟ ਤਹਿਤ ਦਰਜ ਮਾਮਲਿਆਂ ਦੀ ਗਿਣਤੀ ਅਤੇ ਡਰੱਗ ਤਸਕਰੀ ਨਾਲ ਜੁੜੇ ਕੇਸਾਂ ਵਿੱਚ ਦੇਸ਼ ਵਿੱਚ ਸਭ ਤੋਂ ਉੱਪਰ ਹੋਣਾ ਬਹੁਤ ਹੀ ਚਿੰਤਾਜਨਕ ਹੈ। ਇਹ ਸਿਰਫ਼ ਕਾਨੂੰਨ-ਵਿਵਸਥਾ ਦੀ ਨਾਕਾਮੀ ਨਹੀਂ, ਸਗੋਂ ਨੌਜਵਾਨਾਂ, ਖ਼ਾਸ ਕਰਕੇ ਗਰੀਬ ਅਤੇ ਦਲਿਤ ਵਰਗ ਦੇ ਭਵਿੱਖ ਨਾਲ ਗੰਭੀਰ ਖੇਡ ਹੈ।
ਉਹਨਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਇਹ ਕਹਿਣਾ ਕਿ ਛੋਟੇ ਪੱਧਰ ਦੇ ਨਸ਼ਾ ਵੇਚਣ ਵਾਲਿਆਂ ਨੂੰ ਫੜ ਕੇ ਪ੍ਰਚਾਰ ਕੀਤਾ ਜਾ ਰਿਹਾ ਹੈ, ਜਦਕਿ ਵੱਡੇ ਨਸ਼ਾ ਤਸਕਰ ਬਚ ਰਹੇ ਹਨ, ਪੰਜਾਬ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲ ਰਹੀ ਚਿੰਤਾ ਨੂੰ ਦਰਸਾਉਂਦਾ ਹੈ।
ਉਹਨਾਂ ਦੋਸ਼ ਲਗਾਇਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕਮਜ਼ੋਰ ਨੀਤੀਆਂ ਅਤੇ ਰਾਜਨੀਤਿਕ ਇੱਛਾ ਸ਼ਕਤੀ ਦੀ ਘਾਟ ਕਾਰਨ ਪੰਜਾਬ ਦਾ ਨੌਜਵਾਨ ਤੇਜ਼ੀ ਨਾਲ ਨਸ਼ੇ ਦੀ ਗ੍ਰਿਫ਼ਤ ਵਿੱਚ ਜਾ ਰਿਹਾ ਹੈ। ਪਿੰਡਾਂ ਅਤੇ ਸ਼ਹਿਰਾਂ ਵਿੱਚ ਨਸ਼ੇ ਦਾ ਜਾਲ ਲਗਾਤਾਰ ਫੈਲ ਰਿਹਾ ਹੈ, ਜਦਕਿ ਪੁਨਰਵਾਸ ਅਤੇ ਰੋਕਥਾਮ ਲਈ ਪ੍ਰਭਾਵਸ਼ਾਲੀ ਢਾਂਚਾ ਅਜੇ ਵੀ ਕਮਜ਼ੋਰ ਹੈ।
ਸz. ਕੈਂਥ ਨੇ ਮੰਗ ਕੀਤੀ ਕਿ ਰਾਜ ਸਰਕਾਰ ਨਸ਼ਾ ਤਸਕਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਏ, ਸਰਹੱਦ ਪਾਰ ਤਸਕਰੀ ਰੋਕਣ ਲਈ ਸਖ਼ਤ ਕਦਮ ਚੁੱਕੇ ਅਤੇ ਨੌਜਵਾਨਾਂ ਲਈ ਰੋਜ਼ਗਾਰ, ਹੁਨਰ ਵਿਕਾਸ, ਖੇਡਾਂ ਅਤੇ ਸਿੱਖਿਆ ਦੇ ਮੌਕੇ ਵਧਾਏ ਜਾਣ। ਰਾਜਨੀਤਿਕ ਪਾਰਟੀਆਂ ਦੇ ਆਗੂਆਂ ਜੋ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਕਰਕੇ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਖਤਰੇ ਵਿੱਚ ਪਾ ਰਹੇ ਹਨ, ਉਨ੍ਹਾਂ ਨੂੰ ਵੀ ਜਨਤਕ ਤੌਰ ਤੇ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ।
Chandigarh
ਦੂਜੇ ਸੂਬਿਆਂ ਅਤੇ ਵਿਦੇਸ਼ਾਂ ਵਿੱਚ ਲੁਕੇ ਗੈਂਗਸਟਰਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ ਪੰਜਾਬ ਪੁਲੀਸ : ਗੌਰਵ ਯਾਦਵ
ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ਬਣਾਇਆ ਸੂਬੇ ਦਾ ਰੈਗੂਲਰ ਡੀ ਜੀ ਪੀ
ਚੰਡੀਗੜ੍ਹ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਨੇ 1992 ਬੈਚ ਦੇ ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਤੇ 13 ਅਕਤੂਬਰ ਨੂੰ ਸੁਣਵਾਈ ਹੋਣੀ ਹੈ ਅਤੇ ਉਸ ਤੋਂ ਪਹਿਲਾਂ ਹੀ ਅੱਜ ਪੰਜਾਬ ਸਰਕਾਰ ਨੇ ਅੱਜ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ।
ਅਹੁਦਾ ਸੰਭਾਲਣ ਤੋਂ ਬਾਅਦ ਡੀ ਜੀ ਪੀ ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਸੂਬੇ ਵਿੱਚ ਕੋਈ ਥਾਂ ਨਹੀਂ ਹੈ। ਉਹ ਦੇਸ਼ ਦੇ ਕਿਸੇ ਵੀ ਹਿੱਸੇ ਜਾਂ ਵਿਦੇਸ਼ ਵਿੱਚ ਲੁਕੇ ਹੋਣ, ਪੰਜਾਬ ਪੁਲੀਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣਾ ਪੁਲੀਸ ਦੀ ਤਰਜੀਹ ਹੈ। ਦੇਸ਼ ਵਿਰੋਧੀ ਅਨਸਰਾਂ ਨੂੰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈਟਵਰਕ ਵਿਰੁੱਧ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ। ਪੁਲੀਸ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਨਸ਼ਾ ਤਸਕਰੀ ਦੇ ਨੈਟਵਰਕ ਨੂੰ ਤੋੜਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ।
ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਜੁਲਾਈ 2022 ਤੋਂ ਕਾਰਜਕਾਰੀ ਡੀਜੀਪੀ ਵਜੋਂ ਸੇਵਾਵਾਂ ਨਿਭਾ ਰਹੇ ਹਨ। ਪੰਜਾਬ ਪੁਲੀਸ ਦੇ ਮੁਖੀ ਵਜੋਂ ਨਿਯੁਕਤੀ ਲਈ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਸੂਚੀਬੱਧ ਕੀਤੇ ਗਏ ਤਿੰਨ ਅਧਿਕਾਰੀਆਂ ਵਿੱਚ ਉਨ੍ਹਾਂ ਦਾ ਨਾਂ ਸ਼ਾਮਲ ਹੈ ਜਦੋਂ ਕਿ ਇਸ ਪੈਨਲ ਵਿੱਚ ਦੋ ਅਧਿਕਾਰੀ ਸ਼ਰਦ ਸੱਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਸ਼ਾਮਲ ਹਨ। ਪੈਨਲ ਮਿਲਣ ਤੋਂ ਬਾਅਦ ਜੁਲਾਈ ਮਹੀਨੇ ਤੋਂ ਰੈਗੂਲਰ ਡੀ ਜੀ ਪੀ ਦੀ ਨਿਯੁਕਤੀ ਲਟਕੀ ਹੋਈ ਸੀ।
ਇਸ ਸੰਬੰਧੀ ਐਡਵੋਕੇਟ ਨਿਖਿਲ ਥਮਨ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪੰਜਾਬ ਵਿੱਚ ਲੰਮੇ ਸਮੇਂ ਤੋਂ ਕਾਰਜਕਾਰੀ ਡੀ ਜੀ ਪੀ ਹੋਣ ਦੀ ਵਿਵਸਥਾ ਨੂੰ ਚੁਣੌਤੀ ਦਿੱਤੀ ਸੀ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਪਹਿਲੀ ਅਕਤੂਬਰ ਨੂੰ ਪੰਜਾਬ ਸਰਕਾਰ ਨੂੰ ਰੈਗੂਲਰ ਡੀਜੀਪੀ ਦੀ ਨਿਯੁਕਤੀ ਬਾਰੇ ਢੁਕਵਾਂ ਫ਼ੈਸਲਾ ਲੈਣ ਦੇ ਆਦੇਸ਼ ਦਿੱਤੇ ਸਨ। ਹਾਈ ਕੋਰਟ ਨੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੂੰ 13 ਅਕਤੂਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੱਕ ਅਦਾਲਤ ਵਿੱਚ ਇਸ ਸਬੰਧੀ ਪਾਲਣਾ ਸਬੰਧੀ ਹਲਫ਼ਨਾਮਾ ਪੇਸ਼ ਕਰਨ ਦੀ ਹਦਾਇਤ ਕੀਤੀ ਸੀ। ਜਿਕਰਯੋਗ ਹੈ ਕਿ ਗੌਰਵ ਯਾਦਵ ਜੁਲਾਈ 2022 ਤੋਂ ਬਤੌਰ ਕਾਰਜਕਾਰੀ ਡੀਜੀਪੀ ਕੰਮ ਕਰ ਰਹੇ ਹਨ। ਉਨ੍ਹਾਂ ਦੀ ਸੇਵਾਮੁਕਤੀ 30 ਅਪਰੈਲ 2029 ਨੂੰ ਹੋਣੀ ਹੈ।
Chandigarh
ਮੁੱਖ ਮੰਤਰੀ ਮਾਨ ਦੇ ਓ ਐਸ ਡੀ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ
ਚੰਡੀਗੜ੍ਹ, 9 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਰਾਜਬੀਰ ਘੁੰਮਣ ਨੂੰ ਸੀ. ਬੀ. ਆਈ. ਦੀ ਐਫ਼. ਆਈ. ਆਰ. ਅਤੇ ਉਨ੍ਹਾਂ ਦੇ ਜੱਦੀ ਘਰ ਦੀ ਤਲਾਸ਼ੀ ਦੇ ਮਾਮਲੇ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਫ਼ਿਲਹਾਲ ਰਾਹਤ ਨਹੀਂ ਮਿਲੀ ਹੈ। ਕੇਂਦਰੀ ਜਾਂਚ ਬਿਊਰੋ ਵੱਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਚੁਣੌਤੀ ਦਿੰਦਿਆਂ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।
ਪਟੀਸ਼ਨ ਤੇ ਸੁਣਵਾਈ ਕਰਦਿਆਂ ਹਾਈ ਕੋਰਟ ਦੇ ਸਿੰਗਲ ਬੈਂਚ ਨੇ ਕੋਈ ਵੀ ਅੰਤਰਿਮ ਰਾਹਤ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਅਦਾਲਤ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੂਰਾ ਕੇਸ ਅਗਲੇਰੀ ਕਾਰਵਾਈ ਅਤੇ ਦਿਸ਼ਾ-ਨਿਰਦੇਸ਼ਾਂ ਲਈ ਹਾਈ ਕੋਰਟ ਦੇ ਮਾਨਯੋਗ ਚੀਫ਼ ਜਸਟਿਸ ਕੋਲ ਭੇਜਣ ਦੇ ਹੁਕਮ ਦਿੱਤੇ ਹਨ। ਜਸਟਿਸ ਜੇ. ਐਸ. ਬੇਦੀ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਬੈਂਚ ਸਾਹਮਣੇ ਸੁਣਵਾਈ ਲਈ ਢੁੱਕਵਾਂ ਨਹੀਂ ਹੈ, ਕਿਉਂਕਿ ਸੰਬੰਧਿਤ ਐਫ਼. ਆਈ. ਆਰ. ਦਰਜ ਕਰਨ ਦੇ ਨਿਰਦੇਸ਼ ਹਾਈ ਕੋਰਟ ਦੇ ਡਵੀਜ਼ਨ ਬੈਂਚ ਨੇ ਦਿੱਤੇ ਸਨ। ਅਦਾਲਤ ਨੇ ਪਟੀਸ਼ਨਰ ਨੂੰ ਢੁੱਕਵੇਂ ਮੰਚ ਤੇ ਜਾਣ ਦੀ ਸਲਾਹ ਦਿੱਤੀ।
ਘੁੰਮਣ ਨੇ ਆਪਣੀ ਪਟੀਸ਼ਨ ਵਿਚ ਦਾਅਵਾ ਕੀਤਾ ਹੈ ਕਿ ਉਨ੍ਹਾਂ ਵਿਰੁੱਧ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 17-ਏ ਤਹਿਤ ਪੰਜਾਬ ਸਰਕਾਰ ਤੋਂ ਲਾਜ਼ਮੀ ਅਗੇਤੀ ਮੰਨਜ਼ੂਰੀ ਨਹੀਂ ਲਈ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਸੀ.ਬੀ.ਆਈ. ਦੀ ਜਾਂਚ ਸਰਕਾਰੀ ਕੰਮਕਾਜ ਅਤੇ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਨਾਲ ਜੁੜੇ ਕਥਿਤ ਫ਼ੈਸਲਿਆਂ ਬਾਰੇ ਹੈ, ਇਸ ਲਈ ਇਸ ਮਾਮਲੇ ਵਿਚ ਉਕਤ ਧਾਰਾ ਦੀ ਸੁਰੱਖਿਆ ਲਾਗੂ ਹੁੰਦੀ ਹੈ।
Chandigarh
ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ
ਮੁੱਖ ਮੰਤਰੀ ਦਫ਼ਤਰ ਵਿੱਚ ਸੀ ਬੀ ਆਈ ਜਾਂਚ ਦੇ ਖ਼ਿਲਾਫ਼ ਪਟੀਸ਼ਨ ਦੀ ਸੁਣਵਾਈ ਮੁਲਤਵੀ
ਚੰਡੀਗੜ੍ਹ, 8 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਤੋਂ ਜਾਂਚ ਕਰਵਾਉਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪੰਜਾਬ ਸਰਕਾਰ ਦੀ ਪਟੀਸ਼ਨ ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਸ਼ੁੱਕਰਵਾਰ ਤੱਕ ਟਲ ਗਈ ਹੈ। ਸੁਪਰੀਮ ਕੋਰਟ ਦੇ ਬੈਂਚ ਨੇ ਕਿਹਾ ਕਿ ਮਾਮਲੇ ਦੀ ਸੁਣਵਾਈ ਕੱਲ੍ਹ ਕੀਤੀ ਜਾਵੇਗੀ, ਕਿਉਂਕਿ ਜਸਟਿਸ ਸ਼ੀਲ ਨਾਗੂ ਨੂੰ ਸੰਬੰਧਿਤ ਫਾਈਲ ਦੇਰ ਨਾਲ ਪ੍ਰਾਪਤ ਹੋਈ ਹੈ।
ਮਾਮਲੇ ਦੀ ਸੁਣਵਾਈ ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਸ਼ੀਲ ਨਾਗੂ ਦੇ ਬੈਂਚ ਸਾਹਮਣੇ ਹੋਈ। ਸੁਣਵਾਈ ਸ਼ੁਰੂ ਹੁੰਦਿਆਂ ਹੀ ਜਸਟਿਸ ਦੱਤਾ ਨੇ ਕਿਹਾ ਕਿ ਮਾਮਲੇ ਨੂੰ ਕੱਲ੍ਹ ਲਿਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਸੀਨੀਅਰ ਵਕੀਲ ਵਿਕਾਸ ਸਿੰਘ ਨੇ ਸੀ. ਬੀ. ਆਈ. ਵੱਲੋਂ ਕਿਸੇ ਵੀ ਤਤਕਾਲੀ ਕਾਰਵਾਈ ਤੇ ਰੋਕ ਲਗਾਉਣ ਲਈ ਅੰਤਰਿਮ ਹੁਕਮ ਜਾਰੀ ਕਰਨ ਦੀ ਮੰਗ ਕੀਤੀ। ਇਸ ਤੇ ਜਸਟਿਸ ਦੱਤਾ ਨੇ ਕਿਹਾ ਕਿ ਜਦੋਂ ਦੂਜੇ ਜੱਜ ਨੂੰ ਫਾਈਲ ਦੇਖਣ ਦਾ ਮੌਕਾ ਹੀ ਨਹੀਂ ਮਿਲਿਆ ਹੈ ਤਾਂ ਅੰਤਰਿਮ ਹੁਕਮ ਕਿਵੇਂ ਪਾਸ ਕੀਤਾ ਜਾ ਸਕਦਾ ਹੈ।
ਪੰਜਾਬ ਸਰਕਾਰ ਨੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੇ ਗਏ ਹੁਕਮ ਦੇ ਖ਼ਿਲਾਫ਼ ਵਿਸ਼ੇਸ਼ ਇਜਾਜ਼ਤ ਪਟੀਸ਼ਨ ਦਾਖ਼ਲ ਕੀਤੀ ਹੈ। ਹਾਈ ਕੋਰਟ ਦੇ ਮੁੱਖ ਜੱਜ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਕਾਰਜ ਅਧਿਕਾਰੀ (ਓ. ਐਸ. ਡੀ.) ਰਾਜਬੀਰ ਸਿੰਘ ਘੁੰਮਣ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਲਈ ਸੀ. ਬੀ. ਆਈ. ਨੂੰ ਅਪਰਾਧਿਕ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ ਸਨ। ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਨੂੰ ਵੀ ਨਿਰਪੱਖ ਜਾਂਚ ਲਈ ਸੀ. ਬੀ. ਆਈ. ਨੂੰ ਹਰ ਸੰਭਵ ਸਹਾਇਤਾ ਉਪਲਬਧ ਕਰਵਾਉਣ ਦਾ ਹੁਕਮ ਦਿੱਤਾ ਸੀ। ਇਹ ਹੁਕਮ ਵਕੀਲ ਨਿਖਿਲ ਸਰਾਫ਼ ਵੱਲੋਂ ਦਾਇਰ ਜਨਹਿਤ ਪਟੀਸ਼ਨ ਤੇ ਸੁਣਵਾਈ ਦੌਰਾਨ ਦਿੱਤਾ ਗਿਆ ਸੀ।
ਜਨਹਿਤ ਪਟੀਸ਼ਨ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਪੰਜਾਬ ਪੁਲੀਸ ਨੂੰ ਕਥਿਤ ਭ੍ਰਿਸ਼ਟਾਚਾਰ ਦੇ ਸੰਬੰਧ ਵਿੱਚ ਸੂਚਨਾ ਦਿੱਤੇ ਜਾਣ ਦੇ ਬਾਵਜੂਦ ਪੁਲੀਸ ਨੇ ਉਚਿਤ ਕਾਰਵਾਈ ਨਹੀਂ ਕੀਤੀ। ਸੁਣਵਾਈ ਦੌਰਾਨ ਸਾਹਮਣੇ ਆਇਆ ਸੀ ਕਿ ਈ.ਡੀ. ਨੇ ਨਿਤਿਨ ਗੋਹਲ ਨਾਮਕ ਵਿਅਕਤੀ ਨਾਲ ਜੁੜੇ ਦੋਸ਼ਾਂ ਨੂੰ ਵੀ ਚਿੰਨ੍ਹਿਤ ਕੀਤਾ ਸੀ। ਦੋਸ਼ ਹੈ ਕਿ ਉਹ ਪੰਜਾਬ ਸਰਕਾਰ ਤੋਂ ਵੱਖ-ਵੱਖ ਤਰ੍ਹਾਂ ਦੇ ਲਾਭ ਲੈਣ ਦੇ ਇੱਛੁਕ ਲੋਕਾਂ ਅਤੇ ਸੰਬੰਧਿਤ ਧਿਰਾਂ ਵਿਚਕਾਰ ਵਿਚੋਲੇ ਵਜੋਂ ਕੰਮ ਕਰਦਾ ਸੀ। ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਤਬਾਲਿਆਂ ਵਿੱਚ ਮਦਦ, ਗੁਪਤ ਸਰਕਾਰੀ ਦਸਤਾਵੇਜ਼ਾਂ ਤੱਕ ਪਹੁੰਚ ਦਿਵਾਉਣ, ਹਥਿਆਰਾਂ ਦੇ ਲਾਇਸੈਂਸ ਹਾਸਲ ਕਰਵਾਉਣ ਅਤੇ ਹੋਰ ਲਾਭ ਦਿਵਾਉਣ ਵਰਗੀਆਂ ਗੱਲਾਂ ਸ਼ਾਮਲ ਹਨ। ਹਾਈ ਕੋਰਟ ਨੇ ਉਪਲਬਧ ਸਮੱਗਰੀ ਤੇ ਵਿਚਾਰ ਕਰਨ ਤੋਂ ਬਾਅਦ ਸੀ. ਬੀ. ਆਈ. ਨੂੰ ਅਪਰਾਧਿਕ ਮਾਮਲਾ ਦਰਜ ਕਰਕੇ ਜਾਂਚ ਦੇ ਨਿਰਦੇਸ਼ ਦਿੱਤੇ ਸਨ।
ਇਸ ਉਪਰੰਤ ਮੰਗਲਵਾਰ ਨੂੰ, ਸੀਨੀਅਰ ਵਕੀਲ ਵਿਕਾਸ ਸਿੰਘ ਨੇ ਭਾਰਤ ਦੇ ਚੀਫ਼ ਜਸਟਿਸ ਦੇ ਸਾਹਮਣੇ ਮਾਮਲੇ ਦੀ ਤੁਰੰਤ ਸੁਣਵਾਈ ਦੀ ਮੰਗ ਕੀਤੀ ਸੀ। ਉਨ੍ਹਾਂ ਦਾਅਵਾ ਕੀਤਾ ਕਿ ਇਹ ਮਾਮਲਾ ਰਾਜਨੀਤਿਕ ਤੌਰ ਤੇ ਪ੍ਰੇਰਿਤ ਹੈ ਅਤੇ ਰਾਜ ਵਿਧਾਨਸਭਾ ਚੋਣਾਂ ਨੇੜੇ ਆਉਣ ਕਾਰਨ ਇਸਦੀ ਪੈਰਵੀ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮ ਨੂੰ ਸੁਪਰੀਮ ਕੋਰਟ ਦੇ ਵਿਜੇ ਮਦਨਲਾਲ ਚੌਧਰੀ ਮਾਮਲੇ ਵਿੱਚ ਦਿੱਤੇ ਗਏ ਫ਼ੈਸਲੇ ਦੇ ਉਲਟ ਦੱਸਦਿਆਂ ਚੁਣੌਤੀ ਦਿੱਤੀ ਹੈ। ਮੁੱਖ ਜੱਜ ਨੇ ਮੰਗਲਵਾਰ ਨੂੰ ਉਸੇ ਦਿਨ ਸੁਣਵਾਈ ਦੀ ਮੰਗ ਸਵੀਕਾਰ ਨਹੀਂ ਕੀਤੀ ਸੀ ਪਰ ਵੀਰਵਾਰ ਨੂੰ ਮਾਮਲੇ ਨੂੰ ਸੂਚੀਬੱਧ ਕਰਨ ਤੇ ਸਹਿਮਤੀ ਜਤਾਈ ਸੀ। ਹੁਣ ਸੁਪਰੀਮ ਕੋਰਟ ਵਿੱਚ ਇਸ ਮਾਮਲੇ ਤੇ ਕੱਲ੍ਹ ਸੁਣਵਾਈ ਹੋਵੇਗੀ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
