Editorial
ਆਪਣੀ ਵੋਟ ਦੇ ਹੱਕ ਦੀ ਵਰਤੋਂ ਜਰੂਰ ਕਰਨ ਸ਼ਹਿਰਵਾਸੀ
26 ਮਈ ਨੂੰ ਹੋਣ ਜਾ ਰਹੀ ਨਗਰ ਨਿਗਮ ਦੀ ਚੋਣ ਦਾ ਦਿਨ ਜਿਵੇਂ ਜਿਵੇਂ ਨੇੜੇ ਆ ਰਿਹਾ ਹੈ ਚੋਣ ਮੈਦਾਨ ਵਿੱਚ ਆਪੋ ਆਪਣੀ ਕਿਸਮਤ ਅਜਮਾ ਰਹੇ ਉਮੀਦਵਾਰਾਂ ਦਾ ਚੋਣ ਪ੍ਰਚਾਰ ਵੀ ਤੇਜੀ ਫੜ ਰਿਹਾ ਹੈ ਅਤੇ ਉਮੀਦਵਾਰਾਂ ਵਲੋਂ ਚੋਣ ਪ੍ਰਚਾਰ ਦੌਰਾਨ ਇਹਨਾਂ ਉਮੀਦਵਾਰਾਂ ਵਲੋਂ ਆਪਣੀ ਪੂਰੀ ਜਾਨ ਲਗਾ ਦਿੱਤੀ ਗਈ ਹੈ। ਇਸ ਸੰਬੰਧੀ ਵੱਖ ਵੱਖ ਵਾਰਡਾਂ ਤੋਂ ਚੋਣ ਲੜਣ ਦੇ ਚਾਹਵਾਨ ਉਮੀਦਵਾਰਾਂ ਵਲੋਂ ਲਗਾਤਾਰ ਮਿਹਨਤ ਕੀਤੀ ਜਾ ਰਹੀ ਹੈ ਅਤੇ ਇਹਨਾਂ ਵਿੱਚੋਂ ਜਿਆਦਾਤਰ ਵਲੋਂ ਹਰ ਜਾਇਜ-ਨਜਾਇਜ ਤਰੀਕਾ (ਸਾਮ ਦਾਮ ਦੰਡ ਭੇਦ) ਵਰਤ ਕੇ ਵੋਟਰਾਂ ਨੂੰ ਆਪਣੇ ਪੱਖ ਵਿੱਚ ਕਰਨ ਲਈ ਆਪਣੀ ਪੂਰੀ ਵਾਹ ਲਗਾਈ ਜਾ ਰਹੀ ਹੈ।
ਨਗਰ ਨਿਗਮ ਦਾ ਕਾਰਜਕਾਲ ਖਤਮ ਹੋਏ ਨੂੰ ਡੇਢ ਮਹੀਨਾ ਬੀਤ ਚੁੱਕਿਆ ਹੈ ਅਤੇ ਪੰਜਾਬ ਸਰਕਾਰ ਵਲੋਂ ਨਗਰ ਨਿਗਮ ਨੂੰ ਭੰਗ ਕੀਤੇ ਜਾਣ ਤੋਂ ਬਾਅਦ ਤੋਂ ਸਾਡੇ ਸ਼ਹਿਰ ਦਾ ਸਥਾਨਕ ਪ੍ਰਬੰਧ ਪੂਰੀ ਤਰ੍ਹਾਂ ਅਫਸਰਸ਼ਾਹੀ ਦੇ ਹਵਾਲੇ ਹੈ ਜੋ ਸ਼ਹਿਰ ਵਾਸੀਆਂ ਨੂੰ (ਸੱਤਾਧਾਰੀ ਧਿਰ ਦੇ ਆਗੂਆਂ ਅਤੇ ਵਰਕਰਾਂ ਨੂੰ ਛੱਡ ਕੇ) ਬਿਲਕੁਲ ਵੀ ਜਵਾਬਦੇਹ ਨਹੀਂ ਹੈ ਅਤੇ ਨਗਰ ਨਿਗਮ ਵਿੱਚ ਸ਼ਹਿਰ ਵਾਸੀਆਂ ਦੇ ਆਪਣੇ ਚੁਣੇ ਹੋਏ ਨੁਮਾਇੰਦਿਆਂ ਦੀ ਅਣਹੋਂਦ ਕਾਰਨ ਨਗਰ ਨਿਗਮ ਦਾ ਪ੍ਰਬੰਧ ਸੰਭਾਲਣ ਵਾਲੀ ਅਫਸਰਸ਼ਾਹੀ ਵਲੋਂ ਮਨਮਰਜੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਇਸ ਦੌਰਾਨ ਸ਼ਹਿਰ ਦੇ ਕੌਂਸਲਰਾਂ (ਹੁਣ ਸਾਬਕਾ) ਵਲੋਂ ਅਫਸਰਸ਼ਾਹੀ ਦੀ ਕਾਰਗੁਜਾਰੀ ਤੇ ਸਵਾਲ ਵੀ ਚੁੱਕੇ ਜਾਂਦੇ ਰਹੇ ਹਨ। ਹੁਣ ਜਦੋਂ ਨਗਰ ਨਿਗਮ ਦੀ ਚੋਣ ਹੋਣ ਜਾ ਰਹੀ ਹੈ ਤਾਂ ਸ਼ਹਿਰ ਵਾਸੀਆਂ ਦਾ ਵੀ ਫਰਜ ਬਣਦਾ ਹੈ ਕਿ ਉਹ ਆਪਣੇ ਸ਼ਹਿਰ ਦਾ ਬੁਨਿਆਦੀ ਲੋਕਤਾਂਤਰਿਕ ਢਾਂਚਾ ਬਹਾਲ ਕੀਤੇ ਜਾਣ ਲਈ ਕੀਤੀ ਜਾਣ ਵਾਲੀ ਇਸ ਕਾਰਵਾਈ ਵਿੱਚ ਆਪਣੀ ਸਰਗਰਮ ਹਿੱਸੇਦਾਰੀ ਪਾਉਣ।
ਅਜਿਹਾ ਸਿਰਫ ਅਤੇ ਸਿਰਫ ਤਾਂ ਹੀ ਸੰਭਵ ਹੈ ਜੇਕਰ ਸ਼ਹਿਰਵਾਸੀ ਸੋਚ ਸਮਝ ਕੇਆਪਣੇ ਨੁਮਾਇੰਦੇ ਦੀ ਚੋਣ ਕਰਨ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਤਾਂ ਜੋ ਉਹਨਾਂ ਦੀਆਂ ਵੋਟਾਂ ਨਾਲ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਜਵਾਬਦੇਹ ਉਮੀਦਵਾਰਾਂ ਦੀ ਜਿੱਤ ਯਕੀਨੀ ਹੋ ਸਕੇ। ਸਾਡੇ ਸ਼ਹਿਰ ਦੀ ਗਿਣਤੀ ਭਾਵੇਂ ਪੜ੍ਹੇ ਲਿਖੇ ਅਤੇ ਸਮਝਦਾਰ ਲੋਕਾਂ ਦੇ ਸ਼ਹਿਰ ਵਜੋਂ ਹੁੰਦੀ ਹੈ ਅਤੇ ਸਾਡੇ ਸ਼ਹਿਰ ਦੇ ਵਸਨੀਕ ਰਾਜਨੀਤਿਕ ਤੌਰ ਤੇ ਵੀ ਪੂਰੀ ਤਰ੍ਹਾਂ ਚੇਤੰਨ ਵੀ ਹਨ, ਪਰੰਤੂ ਚੋਣਾਂ ਦੌਰਾਨ ਇਹ ਆਮ ਵੇਖਿਆ ਜਾਂਦਾ ਹੈ ਕਿ ਲੋਕ ਆਪਣੇ ਉਮੀਦਵਾਰ ਦੀ ਚੋਣ ਲਈ ਵੀ ਸਮਾਂ ਕੱਢਣ ਲਈ ਤਿਆਰ ਨਹੀਂ ਹੁੰਦੇ ਅਤੇ ਸਾਡੇ ਸ਼ਹਿਰ ਵਿੱਚ ਪੈਣ ਵਾਲੀਆਂ ਵੋਟਾਂ ਦਾ ਫੀਸਦੀ ਸੂਬੇ ਦੇ ਬਾਕੀ ਸ਼ਹਿਰ ਦੇ ਮੁਕਾਬਲੇ ਔਸਤਨ ਕਾਫੀ ਘੱਟ ਹੁੰਦਾ ਹੈ।
ਇਸਦਾ ਇੱਕ ਕਾਰਨ ਇਹ ਵੀ ਹੈ ਕਿ ਸਿਆਸੀ ਪਾਰਟੀਆਂ ਦੇ ਆਗੂ ਕਾਫੀ ਹੱਦ ਤਕ ਆਪਣੀ ਭਰੋਸੇਯੋਗਤਾ ਗਵਾ ਚੁੱਕੇ ਹਨ ਅਤੇ ਲੋਕਾਂ ਦਾ ਮੌਜੂਦਾ ਸਿਸਟਮ ਪ੍ਰਤੀ ਨਿਰਾਸ਼ਾ ਉਹਨਾਂ ਨੂੰ ਚੋਣ ਅਮਲ ਦਾ ਹਿੱਸਾ ਬਣਨ ਤੋਂ ਰੋਕ ਦਿੰਦੀ ਹੈ। ਪਰੰਤੂ ਚੋਣ ਅਮਲ ਪ੍ਰਤੀ ਵਰਤੀ ਜਾਂਦੀ ਇਹ ਉਦਾਸੀਨਤਾ ਸ਼ਹਿਰਵਾਸੀਆਂ ਨੂੰ ਉਹਨਾਂ ਦੇ ਆਪਣੇ ਨੁਮਾਇੰਦੇ ਦੀ ਚੋਣ ਕਰਨ ਦੇ ਹੱਕ ਤੋਂ ਤਾਂ ਵਾਂਝਾ ਕਰਦੀ ਹੀ ਹੈ ਇਸ ਨਾਲ ਉਹਨਾਂ ਅਨਸਰਾਂ ਨੂੰ ਵੀ ਹੱਲਾਸ਼ੇਰੀ ਮਿਲਦੀ ਹੈ ਜਿਹੜੇ ਚੋਣਾਂ ਦੌਰਾਨ ਭ੍ਰਿਸ਼ਟ ਢੰਗ ਤਰੀਕਿਆਂ ਦੀ ਵਰਤੋਂ ਕਰਦੇ ਹਨ। ਚੋਣਾਂ ਦੌਰਾਨ ਵਰਤੇ ਜਾਣ ਵਾਲੇ ਅਜਿਹੇ ਭ੍ਰਿਸ਼ਟ ਢੰਗ ਤਰੀਕਿਆਂ ਅਤੇ ਜਾਅਲੀ ਵੋਟਾਂ ਭੁਗਤਾਉਣ ਦੀ ਕਾਰਵਾਈ ਤੇ ਰੋਕ ਲਗਾਉਣ ਲਈ ਵੀ ਇਹ ਜਰੂਰੀ ਹੋ ਜਾਂਦਾ ਹੈ ਕਿ ਸ਼ਹਿਰਵਾਸੀ ਇਸ ਪਾਸੇ ਧਿਆਨ ਦੇਣ ਅਤੇ ਆਪਣੀ ਵੋਟ ਦੇ ਹੱਕ ਦੀ ਵਰਤੋਂ ਜਰੂਰ ਕਰਨ।
ਵੈਸੇ ਵੀ ਜੇਕਰ ਅਸੀਂ ਚਾਹੁੰਦੇ ਹਾਂ ਕਿ ਸਾਡੇ ਸ਼ਹਿਰ ਦਾ ਸਰਬਪੱਖੀ ਵਿਕਾਸ ਹੋਵੇ ਅਤੇ ਸਾਡੇ ਚੁਣੇ ਹੋਏ ਨੁਮਾਇੰਦੇ ਜਨਤਾ ਦੇ ਪ੍ਰਤੀ ਪੂਰੀ ਤਰ੍ਹਾਂ ਜਵਾਬਦੇਹ ਹੋਣ ਤਾਂ ਇਸ ਲਈ ਇਹ ਜਰੂਰੀ ਹੈ ਕਿ ਸ਼ਹਿਰਵਾਸੀ ਚੋਣਾਂ ਦੌਰਾਨ ਆਪਣੀ ਰਾਜਨੀਤਿਕ ਚੇਤਨਤਾ ਦਾ ਪ੍ਰਗਟਾਵਾ ਕਰਨ ਅਤੇ ਚੋਣ ਅਮਲ ਵਿੱਚ ਖੁੱਲ ਕੇ ਭਾਗ ਲੈਣ। ਸਾਡੇ ਚੁਣੇ ਹੋਏ ਨੁਮਾਇੰਦੇ ਸ਼ਹਿਰਵਾਸੀਆਂ (ਵੋਟਰਾਂ) ਨੂੰ ਤਾਂ ਹੀ ਜਵਾਬਦੇਹ ਹੋਣਗੇ ਜੇਕਰ ਉਹਨਾਂ ਨੂੰ ਪਤਾ ਹੋਵੇਗਾ ਕਿ ਲੋਕਾਂ ਪ੍ਰਤੀ ਵਰਤੀ ਜਾਣ ਵਾਲੀ ਉਦਾਸੀਨਤਾ ਉਹਨਾਂ ਨੂੰ ਲੋਕਾਂ ਦੀਆਂ ਵੋਟਾਂ ਤੋਂ ਵਾਂਝਾ ਵੀ ਕਰ ਸਕਦੀ ਹੈ। ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨਾ ਸਾਡੀ ਸਮਾਜਿਕ ਜਿੰਮੇਵਾਰੀ ਵੀ ਬਣਦੀ ਹੈ ਤਾਂ ਜੋ ਅਸੀਂ ਆਪਣੇ ਨੁਮਾਇੰਦੇ ਦੀ ਚੋਣ ਵਿੱਚ ਆਪਣਾ ਬਣਦਾ ਯੋਗਦਾਨ ਪਾ ਸਕੀਏ। ਸ਼ਹਿਰ ਵਾਸੀਆਂ ਨੂੰ ਚਾਹੀਦਾ ਹੈ ਕਿ ਉਹ ਹਰ ਹਾਲ ਵਿੱਚ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਤਾਂ ਜੋ ਸ਼ਹਿਰ ਦੇ ਵਿਕਾਸ ਵਿੱਚ ਉਹਨਾਂ ਦੀ ਸਰਗਰਮ ਭਾਗੀਦਾਰੀ ਹੋਵੇ ਅਤੇ ਉਹਨਾਂ ਦਾ ਨੁਮਾਇੰਦਾ ਉਹਨਾਂ ਨੂੰ ਪੂਰੀ ਤਰ੍ਹਾਂ ਜਵਾਬਦੇਹ ਹੋਵੇ।
Editorial
ਮਸਾਲੇ ਵਾਲੇ ਫਲਾਂ ਅਤੇ ਕੈਮੀਕਲ ਵਾਲੀਆਂ ਸਬਜੀਆਂ ਦੀ ਵਿਕਰੀ ਤੇ ਸਖਤੀ ਨਾਲ ਰੋਕ ਲਗਾਏ ਪ੍ਰਸ਼ਾਸਨ
ਸਬਜੀਆਂ ਅਤੇ ਫਲ ਹਰ ਘਰ ਦੀ ਲੋੜ ਹਨ ਅਤੇ ਹਰ ਵਿਅਕਤੀ ਆਪਣੇ ਘਰ ਪਰਿਵਾਰ ਲਈ ਫਲਾਂ ਅਤੇ ਸਬਜੀਆਂ ਦੀ ਖਰੀਦ ਕਰਦਾ ਹੈ ਪਰੰਤੂ ਬਾਜਾਰ ਵਿੱਚ ਅੱਜਕੱਲ ਜਿਹੜੇ ਫਲ ਅਤੇ ਸਬਜੀਆਂ ਵਿਕ ਰਹੇ ਹਨ ਉਹਨਾਂ ਬਾਰੇ ਇਹ ਗੱਲ ਆਮ ਆਖੀ ਜਾਂਦੀ ਹੈ ਕਿ ਇਹਨਾਂ ਫਲਾਂ ਅਤੇ ਸਬਜੀਆਂ ਵਿੱਚੋਂ ਜਿਆਦਾਤਰ ਨੂੰ ਮਨੁੱਖੀ ਸਿਹਤ ਲਈ ਨੁਕਸਾਨਦਾਇਕ ਕੈਮੀਕਲਾਂ ਦੀ ਮਦਦ ਨਾਲ ਪਕਾਇਆ ਅਤੇ ਵੱਡਾ ਕੀਤਾ ਜਾਂਦਾ ਹੈ। ਅਜਿਹਾ ਆਮ ਕਿਹਾ ਜਾਂਦਾ ਹੈ ਕਿ ਕੱਦੂ ਦੀ ਵੇਲ ਅਤੇ ਹੋਰਨਾਂ ਸਬਜੀਆਂ ਦੀਆਂ ਜੜ੍ਹਾਂ ਵਿਚ ਮੱਝਾਂ ਨੂੰ ਧਾਰ ਚੋਣ ਵੇਲੇ ਲਗਾਇਆ ਜਾਣ ਵਾਲਾ ਹਾਰਮੋਨ ਦਾ ਟੀਕਾ ਲਗਾਇਆ ਜਾਂਦਾ ਹੈ ਜਿਸ ਨਾਲ ਇਹਨਾਂ ਸਬਜੀਆਂ ਦਾ ਆਕਾਰ ਰਾਤੋ ਰਾਤ ਬਹੁਤ ਵੱਡਾ ਹੋ ਜਾਂਦਾ ਹੈ।
ਬਾਜਾਰ ਵਿੱਚ ਵਿਕਦੇ ਫਲਾਂ ਨੂੰ ਵੀ ਵੱਖ ਵੱਖ ਕੈਮੀਕਲਾਂ ਦੀ ਵਰਤੋਂ ਕਰਕੇ ਪਕਾਉਣ ਅਤੇ ਚਮਕਦਾਰ ਬਣਾਉਣ ਦੀ ਗੱਲ ਅਕਸਰ ਸਾਮ੍ਹਣੇ ਆਉਂਦੀ ਹੈ। ਮਸਾਲਿਆਂ ਨਾਲ ਪਕਾ ਕੇ ਵੇਚੇ ਜਾ ਰਹੇ ਫਲ ਹੋਣ ਜਾਂ ਟੀਕੇ ਲਗਾ ਕੇ ਵੱਡੀਆਂ ਕੀਤੀਆਂ ਸਬਜੀਆਂ, ਇਹ ਸਾਰੇ ਹੀ ਇਹਨਾਂ ਕੈਮੀਕਲਾਂ ਦੇ ਅਸਰ ਕਾਰਨ ਜਹਿਰ ਵਰਗੀਆਂ ਹੀ ਹੋ ਜਾਂਦੀਆਂ ਹਨ। ਇਹਨਾਂ ਕਾਰਨ ਮਨੁੱਖੀ ਸਿਹਤ ਨੂੰ ਭਾਰੀ ਨੁਕਸਾਨ ਪਹੁੰਚਦਾ ਹੈ ਅਤੇ ਆਮ ਲੋਕ ਜਿਹੜੇ ਇਹਨਾਂ ਫਲਾਂ ਨੂੰ ਇਹ ਸੋਚ ਕੇ ਖਰੀਦਦੇ ਹਨ ਕਿ ਇਹ ਉਹਨਾਂ ਦੀ ਸਿਹਤ ਲਈ ਲਾਭਦਾਇਕ ਹਨ, ਉਹ ਉਲਟਾ ਆਪਣੇ ਅਤੇ ਆਪਣੇ ਪਰਿਵਾਰ ਲਈ ਹਲਕਾ ਜਹਿਰ ਖਰੀਦ ਰਹੇ ਹੁੰਦੇ ਹਨ।
ਕਿਸਾਨਾਂ ਵਲੋਂ ਸਬਜੀਆਂ ਅਤੇ ਫਲਾਂ ਉੱਪਰ ਕੀੜੇਮਾਰ ਦਵਾਈਆਂ ਦਾ ਭਾਰੀ ਛਿੜਕਾਅ ਕੀਤਾ ਜਾਂਦਾ ਹੈ ਜਿਸ ਕਾਰਨ ਇਹ ਸਬਜੀਆਂ ਅਤੇ ਫਲ ਪਹਿਲਾਂ ਹੀ ਕੀਟਨਾਸ਼ਕਾਂ ਦੇ ਜਹਿਰ ਦੇ ਅਸਰ ਹੇਠ ਆ ਜਾਂਦੇ ਹਨ ਅਤੇ ਬਾਕੀ ਦੀ ਕਸਰ ਇਹਨਾਂ ਸਬਜੀਆਂ ਅਤੇ ਫਲਾਂ ਦੇ ਵਪਾਰੀ (ਅਤੇ ਦੁਕਾਨਦਾਰ) ਪੂਰੀ ਕਰ ਦਿੰਦੇ ਹਨ, ਜੋ ਕੱਚੇ ਫਲਾਂ ਅਤੇ ਕੱਚੀਆਂ ਸਬਜੀਆਂ ਨੂੰ ਕੈਮੀਕਲਾਂ, ਰਸਾਇਣਾਂ, ਮਸਾਲਿਆਂ ਨਾਲ ਪਕਾ ਕੇ ਵੇਚਦੇ ਹਨ ਅਤੇ ਆਮ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਦੇ ਹਨ। ਸਬਜੀਆਂ ਅਤੇ ਫਲ ਵੇਚਣ ਵਾਲੇ ਦੁਕਾਨਦਾਰਾਂ ਵਲੋਂ ਆਪਣੀਆਂ ਸਬਜੀਆਂ ਅਤੇ ਫਲਾਂ ਨੂੰ ਚਮਕਦਾਰ ਬਣਾਉਣ ਅਤੇ ਕੱਚੇ ਫਲਾਂ ਨੂੰ ਪਕਾਉਣ ਲਈ ਖੁੱਲੇਆਮ ਕਈ ਤਰ੍ਹਾਂ ਦੇ ਮਸਾਲਿਆਂ ਅਤੇ ਰਸਾਇਣਾਂ ਦੀ ਵਰਤੋ ਕੀਤੀ ਜਾਂਦੀ ਹੈ, ਜੋ ਕਿ ਮਨੁੱਖੀ ਸਿਹਤ ਲਈ ਹਾਨੀਕਾਰਕ ਹੁੰਦੇ ਹਨ।
ਫਲ ਅਤੇ ਸਬਜੀਆਂ ਵੇਚਣ ਵਾਲੇ ਦੁਕਾਨਦਾਰ ਇਹ ਲੋਕ ਕੈਮੀਕਲਾਂ ਨਾਲ ਤਿਆਰ ਕੀਤੀਆਂ ਸਬਜੀਆਂ ਅਤੇ ਫਲਾਂ ਨੂੰ ਬਾਜਾਰ ਵਿੱਚ ਵੇਚ ਕੇ ਖੁਦ ਤਾਂ ਭਾਰੀ ਮੁਨਾਫਾ ਕਮਾਉਂਦੇ ਹਨ ਪਰੰਤੂ ਜਿਹੜੇ ਲੋਕ ਅਜਿਹੀਆਂ ਸਬਜੀਆਂ ਖਰੀਦ ਕੇ ਖਾਂਦੇ ਹਨ ਉਹਨਾਂ ਦੀ ਸਿਹਤ ਨੂੰ ਭਾਰੀ ਨੁਕਸਾਨ ਪਹੁੰਚਦਾ ਹੈ। ਇਸ ਸੰਬੰਧੀ ਗੱਲ ਕਰਨ ਤੇ ਖੇਤੀ ਮਾਹਿਰ ਸਲਾਹ ਦਿੰਦੇ ਹਨ ਕਿ ਆਮ ਲੋਕਾਂ ਨੂੰ ਸਿਰਫ ਉਹ ਸਬਜੀ ਖਾਣੀ ਚਾਹੀਦੀ ਹੈ, ਜਿਸ ਨੂੰ ਕੀੜਾ ਲਗਿਆ ਹੋਵੇ, ਕਿਉਂਕਿ ਕੀੜਾ ਉਸੇ ਸਬਜੀ ਨੂੰ ਲੱਗਦਾ ਹੈ ਜਿਸਤੇ ਕੀਟ ਨਾਸ਼ਕਾਂ ਦਾ ਅਸਰ ਬਹੁਤ ਘੱਟ ਹੋਵੇ। ਉਹਨਾਂ ਦੇ ਕਹਿਣ ਦਾ ਭਾਵ ਇਹ ਹੁੰਦਾ ਹੈ ਕਿ ਜਿਸ ਸਬਜੀ ਨੂੰ ਕੀੜੇ ਖਾ ਸਕਦੇ ਹਨ, ਉਸਨੂੰ ਮਨੁੱਖ ਵੀ ਖਾ ਸਕਦਾ ਹੈ।
ਤਰਾਸਦੀ ਇਹ ਹੈ ਕਿ ਪ੍ਰਸ਼ਾਸ਼ਨ ਨੂੰ ਇਸ ਸਾਰੇ ਕੁੱਝ ਦੀ ਪੂਰੀ ਜਾਣਕਾਰੀ ਹੋਣ ਦੇ ਬਾਵਜੂਦ, ਟੀਕੇ ਲਗਾ ਕੇ ਤਿਆਰ ਕੀਤੀਆਂ ਸਬਜੀਆਂ ਬਾਜਾਰ ਵਿੱਚ ਸ਼ਰੇਆਮ ਵੇਚੀਆਂ ਜਾਂਦੀਆਂ ਹਨ ਪਰੰਤੂ ਖੁਰਾਕ ਸੁਰਖਿਆ ਵਿਭਾਗ (ਜਿਸ ਉੱਪਰ ਅਜਿਹੀਆਂ ਵਸਤਾਂ ਦੀ ਵਿਕਰੀ ਤੇ ਰੋਕ ਲਗਾਉਣ ਦੀ ਜਿੰਮੇਵਾਰੀ ਹੈ) ਵਲੋਂ ਅਜਿਹੀਆਂ ਸਬਜੀਆਂ ਦੀ ਵਿਕਰੀ ਤੇ ਰੋਕ ਲਗਾਉਣ ਲਈ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ਸੰਬੰਧੀ ਲੋਕਾਂ ਵਿੱਚ ਹੁੰਦੀ ਆਮ ਚਰਚਾ ਦੇ ਬਾਵਜੂਦ ਅਜਿਹੇ ਸਬਜੀ ੳਤਪਾਦਕਾਂ ਅਤੇ ਫਲ ਵੇਚਣ ਵਾਲਿਆਂ ਦੇ ਖਿਲਾਫ ਕੋਈ ਕਾਰਵਾਈ ਨਹੀਂ ਹੁੰਦੀ ਅਤੇ ਉਹ ਆਪਣੀਆਂ ਕਾਰਵਾਈਆਂ ਨੂੰ ਸ਼ਰੇਆਮ ਅੰਜਾਮ ਦਿੰਦੇ ਰਹਿੰਦੇ ਹਨ। ਇਹ ਵੀ ਕਿਹਾ ਜਾ ਸਕਦਾ ਹੈ ਕਿ ਸਾਡੇ ਦੇਸ਼ ਦਾ ਸਿਸਟਮ ਹੀ ਕੁੱਝ ਅਜਿਹਾ ਬਣ ਗਿਆ ਹੈ ਕਿ ਇੱਥੇ ਹਰ ਵਿਅਕਤੀ ਨੂੰ ਇਹ ਜਾਣਕਾਰੀ ਹੁੰਦੀ ਹੈ ਕਿ ਕੁੱਝ ਲੋਕਾਂ ਵਲੋਂ ਆਪਣੇ ਨਿੱਜੀ ਫਾਇਦੇ ਲਈ ਹੋਰਨਾਂ ਲੋਕਾਂ ਦੀਆਂ ਜਿੰਦਗੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਪਰੰਤੂ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਅੰਨਾ ਬੋਲਾ ਬਣਿਆ ਰਹਿੰਦਾ ਹੈ ਅਤੇ ਅਜਿਹੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿੰਦੀਆਂ ਹਨ।
ਸਥਾਨਕ ਪ੍ਰਸ਼ਾਸ਼ਨ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਆਮ ਲੋਕਾਂ ਨੂੰ ਫਲਾਂ ਅਤੇ ਸਬਜੀਆਂ ਦੇ ਰੂਪ ਵਿੱਚ ਵੇਚੇ ਜਾ ਰਹੇ ਇਸ ਜਹਿਰ ਦੀ ਵਿਕਰੀ ਤੇ ਕਾਬੂ ਕਰਨ ਲਈ ਸਖਤ ਕਦਮ ਚੁੱਕੇ ਅਤੇ ਬਾਜਾਰ ਵਿੱਚ ਮਸਾਲਿਆਂ, ਕੈਮੀਕਲਾਂ ਨਾਲ ਪਕਾਏ ਹੋਏ ਫਲਾਂ ਅਤੇ ਸਬਜੀਆਂ ਦੀ ਵਿਕਰੀ ਤੇ ਪੂਰੀ ਤਰ੍ਹਾਂ ਰੋਕ ਲਗਾਈ ਜਾਵੇ। ਜਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਚਾਹੀਦਾ ਹੈ ਕਿ ਉਹ ਖੁਦ ਇਸ ਪਾਸੇ ਧਿਆਨ ਦੇਣ ਅਤੇ ਇਸ ਸੰਬੰਧੀ ਜਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਕੇ ਬਣਦੀ ਕਾਰਵਾਈ ਨੂੰ ਯਕੀਨੀ ਬਣਾਉਣ ਤਾਂ ਜੋ ਆਮ ਲੋਕਾਂ ਦੀ ਸਿਹਤ ਨਾਲ ਖਿਲਵਾੜ ਦੀ ਇਸ ਕਾਰਵਾਈ ਤੇ ਮੁਕੰਮਲ ਰੋਕ ਲੱਗੇ।
Editorial
ਮੁੱਖ ਚੋਣ ਕਮਿਸ਼ਨਰ ਦੀ ਨਿਰਪੱਖਤਾ ਤੇ ਉਠਦੇ ਸਵਾਲ
ਭਾਰਤ ਦੇ ਮੁੱਖ ਚੋਣ ਕਮਿਸ਼ਨਰ ਬਾਰੇ ਅੱਜ ਕੱਲ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਬਹੁਤ ਕੁਝ ਕਿਹਾ ਜਾ ਰਿਹਾ ਹੈ ਅਤੇ ਦੋਸ਼ ਲਗਾਇਆ ਜਾ ਰਿਹਾ ਹੈ ਕਿ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਮੋਦੀ ਸਰਕਾਰ ਦੇ ਪੱਖ ਵਿੱਚ ਭੁਗਤ ਰਹੇ ਹਨ ਅਤੇ ਲਗਾਤਾਰ ਅਜਿਹੇ ਫੈਸਲੇ ਕਰ ਰਹੇ ਹਨ ਜਿਸ ਨਾਲ ਭਾਜਪਾ ਨੂੰ ਫਾਇਦਾ ਪਹੁੰਚਦਾ ਹੈ।
ਭਾਰਤ ਦੇ ਦੋ ਚੋਣ ਕਮਿਸ਼ਨਰਾਂ ਵੱਲੋਂ ਵੀ ਮੁੱਖ ਚੋਣ ਕਮਿਸ਼ਨਰ ਦੀ ਕਾਰਗੁਜਾਰੀ ਬਾਰੇ ਸਵਾਲ ਉਠਾਏ ਗਏ ਹਨ। ਇਸ ਦੌਰਾਨ ਮੁੱਖ ਚੋਣ ਕਮਿਸ਼ਨਰ ਦਾ ਮਾਮਲਾ ਸੁਪਰੀਮ ਕੋਰਟ ਵੀ ਪਹੁੰਚ ਗਿਆ ਹੈ ਅਤੇ ਸੁਪਰੀਮ ਕੋਰਟ ਨੇ ਵੀ ਕਿਹਾ ਹੈ ਕਿ ਚੋਣ ਕਮਿਸ਼ਨ ਨੇ ਜਿਹੜੇ ਫੈਸਲੇ ਸਰਬਸੰਮਤੀ ਨਾਲ ਨਹੀਂ ਕੀਤੇ, ਉਹ ਫੈਸਲੇ ਰੱਦ ਕੀਤੇ ਜਾਣਗੇ।
ਭਾਰਤ ਵਿੱਚ ਪਿਛਲੇ ਕੁਝ ਸਮੇਂ ਤੋਂ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਅਤੇ ਇੰਡੀਆ ਗਠਜੋੜ ਦੇ ਹੋਰ ਮੁੱਖ ਆਗੂਆਂ ਵੱਲੋਂ ਮੁੱਖ ਚੋਣ ਕਮਿਸ਼ਨਰ ਦੀ ਕਾਰਗੁਜਾਰੀ ਤੇ ਸਵਾਲ ਉਠਾਏ ਜਾ ਰਹੇ ਹਨ। ਰਾਹੁਲ ਗਾਂਧੀ ਅਤੇ ਹੋਰ ਆਗੂ ਤਾਂ ਵਾਰ ਵਾਰ ਦੋਸ਼ ਲਗਾ ਰਹੇ ਹਨ ਕਿ ਚੋਣ ਕਮਿਸ਼ਨ ਵੱਲੋਂ ਵੋਟਾਂ ਦੀ ਸੁਧਾਈ ਦੇ ਬਹਾਨੇ ਲੱਖਾਂ ਵੋਟਰਾਂ ਦੀਆਂ ਵੋਟਾਂ ਕੱਟ ਦਿੱਤੀਆਂ ਗਈਆਂ ਹਨ। ਕਈ ਆਗੂ ਤਾਂ ਇਹ ਵੀ ਦੋਸ਼ ਲਗਾਉਂਦੇ ਹਨ ਕਿ ਚੋਣ ਕਮਿਸ਼ਨ ਵੱਲੋਂ ਜਿਹੜੇ ਲੋਕਾਂ ਦੀਆਂ ਵੋਟਾਂ ਕੱਟੀਆਂ ਗਈਆਂ ਹਨ, ਉਹ ਭਾਜਪਾ ਵਿਰੋਧੀ ਪਾਰਟੀਆਂ ਨੂੰ ਵੋਟਾਂ ਪਾਉਂਦੇ ਸਨ, ਇਸ ਕਾਰਨ ਉਹਨਾਂ ਦੀਆਂ ਵੋਟਾਂ ਹੀ ਕੱਟ ਦਿਤੀਆਂ ਗਈਆਂ ਤਾਂ ਕਿ ਭਾਜਪਾ ਵਿਰੋਧੀ ਪਾਰਟੀਆਂ ਨੂੰ ਘੱਟ ਵੋਟਾਂ ਪੈਣ।
ਵਿਰੋਧੀ ਆਗੂ ਚੋਣ ਕਮਿਸ਼ਨ ਅਤੇ ਮੋਦੀ ਸਰਕਾਰ ਨੂੰ ਵੋਟ ਚੋਰ ਵੀ ਕਹਿ ਰਹੇ ਹਨ। ਇਸ ਤੋਂ ਇਲਾਵਾ ਵੋਟਿੰਗ ਮਸ਼ੀਨਾਂ ਬਾਰੇ ਵੀ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਲਗਾਤਾਰ ਸਵਾਲ ਉਠਾਏ ਜਾਂਦੇ ਰਹੇ ਹਨ ਅਤੇ ਮੰਗ ਕੀਤੀ ਜਾਂਦੀ ਹੈ ਕਿ ਭਾਰਤ ਵਿੱਚ ਚੋਣਾਂ ਵੋਟਿੰਗ ਮਸ਼ੀਨਾਂ ਦੀ ਥਾਂ ਬੈਲਟ ਪੇਪਰਾਂ ਨਾਲ ਕਰਵਾਈਆਂ ਜਾਣ। ਵਿਰੋਧੀ ਆਗੂ ਤਰਕ ਦਿੰਦੇ ਹਨ ਕਿ ਵਿਸ਼ਵ ਦੇ ਵਿਕਸਤ ਦੇਸ਼ਾਂ ਨੇ ਵੀ ਵੋਟਿੰਗ ਮਸ਼ੀਨਾਂ ਨੂੰ ਰੱਦ ਕਰਕੇ ਬੈਲਟ ਪੇਪਰਾਂ ਰਾਹੀਂ ਵੋਟਿੰਗ ਕਰਵਾਉਂਦੇ ਹਨ। ਇਸ ਤਰ੍ਹਾਂ ਦਾ ਸਿਸਟਮ ਭਾਰਤ ਵਿੱਚ ਵੀ ਲਾਗੂ ਕੀਤਾ ਜਾ ਸਕਦਾ ਹੈ।
ਭਾਰਤ ਵਿੱਚ ਕੁਝ ਸਾਲ ਪਹਿਲਾਂ ਵੋਟਾਂ ਬੈਲਟ ਪੇਪਰ ਰਾਹੀਂ ਹੀ ਪੈਂਦੀਆਂ ਸਨ ਪਰ ਬਾਅਦ ਵਿੱਚ ਵੋਟਿੰਗ ਮਸ਼ੀਨਾਂ ਰਾਹੀਂ ਵੋਟਾਂ ਪਵਾਈਆਂ ਜਾਣ ਲੱਗੀਆਂ। ਅਕਸਰ ਵੋਟਿੰਗ ਮਸ਼ੀਨਾਂ ਦੀ ਕਾਰਗੁਜਾਰੀ ਤੇ ਸਵਾਲ ਉਠਾਏ ਜਾਂਦੇ ਹਨ। ਹੁਣ ਤਾਂ ਚੋਣ ਕਮਿਸ਼ਨ ਤੇ ਵੋਟ ਚੋਰੀ ਅਤੇ ਵਿਰੋਧੀ ਪਾਰਟੀਆਂ ਦੇ ਸਮਰਥਕ ਵੋਟਰਾਂ ਦੀਆਂ ਵੋਟਾਂ ਕੱਟਣ ਦਾ ਵੱਡਾ ਇਲਜ਼ਾਮ ਲਾਇਆ ਜਾ ਰਿਹਾ ਹੈ। ਜਿਸ ਨੂੰ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ।
ਲੋਕਤੰਤਰ ਵਿੱਚ ਵੋਟਾਂ ਦਾ ਕੰਮ ਸਹੀ ਤਰੀਕੇ ਨਾਲ ਕਰਵਾਉਣ ਲਈ ਚੋਣ ਕਮਿਸ਼ਨ ਦਾ ਨਿਰਪੱਖ ਹੋਣਾ ਬਹੁਤ ਜ਼ਰੂਰੀ ਹੈ। ਜੇ ਚੋਣ ਕਮਿਸ਼ਨ ਹੀ ਸਰਕਾਰ ਦੇ ਪੱਖ ਵਿੱਚ ਭੁਗਤੇਗਾ ਤਾਂ ਨਿਰਪੱਖ ਚੋਣਾਂ ਹੋਣ ਦੀ ਆਸ ਮੱਧਮ ਹੋਵੇਗੀ। ਹਰ ਪਾਰਟੀ ਲਗਾਤਾਰ ਸੱਤਾ ਵਿੱਚ ਰਹਿਣ ਲਈ ਚੋਣ ਕਮਿਸ਼ਨ ਨੂੰ ਆਪਣੇ ਪੱਖ ਵਿੱਚ ਕਰਨ ਦਾ ਯਤਨ ਕਰਦੀ ਹੈ ਪਰ ਵਿਰੋਧੀ ਆਗੂ ਕਹਿ ਰਹੇ ਹਨ ਕਿ ਭਾਜਪਾ ਵੱਲੋਂ ਚੋਣ ਕਮਿਸ਼ਨ ਨੂੰ ਆਪਣਾ ਮੋਹਰਾ ਬਣਾ ਕੇ ਲਗਾਤਾਰ ਸੱਤਾ ਪ੍ਰਾਪਤ ਕੀਤੀ ਜਾ ਰਹੀ ਹੈ।
ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਅਕਸਰ ਦੋਸ਼ ਲਗਾਉਂਦੀ ਹੈ ਕਿ ਵੋਟਾਂ ਦੀ ਸੁਧਾਈ ਦੇ ਬਹਾਨੇ ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਹਨਾਂ ਦੀ ਪਾਰਟੀ ਦੇ ਲੱਖਾਂ ਵੋਟਰਾਂ ਦੀਆਂ ਵੋਟਾਂ ਹੀ ਕੱਟ ਦਿੱਤੀਆਂ ਗਈਆਂ, ਜਿਸ ਕਾਰਨ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਜੇਤੂ ਹੋ ਕੇ ਸਰਕਾਰ ਬਣਾਉਣ ਵਿੱਚ ਕਾਮਯਾਬ ਹੋ ਗਈ। ਮਮਤਾ ਬੈਨਰਜੀ ਨੇ ਵੀ ਬਹੁਤ ਵਾਰ ਭਾਰਤ ਦੇ ਚੋਣ ਕਮਿਸ਼ਨ ਦੀ ਕਾਰਗੁਜਾਰੀ ਤੇ ਵੱਡੇ ਸਵਾਲ ਉਠਾਏ ਹਨ।
ਚਾਹੀਦਾ ਤਾਂ ਇਹ ਹੈ ਕਿ ਭਾਰਤ ਦੇ ਚੋਣ ਕਮਿਸ਼ਨ ਦੀ ਕਾਰਗੁਜਾਰੀ ਵਿੱਚ ਸੁਧਾਰ ਲਿਆਂਦਾ ਜਾਵੇ ਤੇ ਚੋਣ ਕਮਿਸ਼ਨ ਨਿਰਪੱਖ ਤਰੀਕੇ ਨਾਲ ਹਰ ਤਰ੍ਹਾਂ ਦੀਆਂ ਚੋਣਾਂ ਕਰਵਾਏ। ਲੋਕਤੰਤਰ ਨੂੰ ਕਾਇਮ ਰੱਖਣ ਲਈ ਭਾਰਤ ਦੇ ਚੋਣ ਕਮਿਸ਼ਨ ਦਾ ਨਿਰਪੱਖ ਹੋਣਾ ਬਹੁਤ ਜ਼ਰੂਰੀ ਹੈ।
ਬਿਊਰੋ
Editorial
ਕਿਹੜੇ ਪਾਸੇ ਤੁਰ ਪਿਆ ਸਮਾਜ?
ਪਿਛਲੇ ਦਿਨੀਂ ਬਰਨਾਲਾ ਸ਼ਹਿਰ ਵਿਖੇ ਪ੍ਰਸਿੱਧ ਗਾਇਕ ‘ਬੱਬੂ ਮਾਨ’ ਦੇ ਸ਼ੋਅ ਮੌਕੇ ਇਕੱਤਰ ਹੋਈ ਭੀੜ ਏਨੀ ਜਿਆਦਾ ਉਤੇਜਿਤ ਹੋ ਗਈ ਸੀ ਕਿ ਹਾਲਾਤ ਤੇ ਕਾਬੂ ਕਰਨ ਲਈ ਪੁਲੀਸ ਨੂੰ ਲਾਠੀਚਾਰਜ ਕਰਨਾ ਪਿਆ ਸੀ ਅਤੇ ਪੁਲੀਸ ਤੇ ਪ੍ਰਸ਼ਾਸਨ ਨੇ ਬਹੁਤ ਮੁਸ਼ਕਿਲ ਨਾਲ ਸਥਿਤੀ ਤੇ ਕਾਬੂ ਪਾਇਆ ਸੀ।
ਇਸ ਦੌਰਾਨ ਨੌਜਵਾਨਾਂ ਵਿੱਚ ਹੁੰਦੇ ਆਪਸੀ ਝਗੜਿਆਂ ਦੀਆਂ ਘਟਨਾਵਾਂ ਵੀ ਲਗਾਤਾਰ ਵੱਧ ਰਹੀਆਂ ਹਨ ਅਤੇ ਇਹਨਾਂ ਝਗੜਿਆਂ ਦੌਰਾਨ ਅਕਸਰ ਨੌਜਵਾਨ ਜਖਮੀ ਵੀ ਹੁੰਦੇ ਹਨ। ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਵਸੇ ਪਿੰਡਾਂ ਵਿਦਿਆ ਨਗਰ, ਪ੍ਰੋਫ਼ੈਸਰ ਕਾਲੋਨੀ ਅਤੇ ਕਰਹੇੜੀ ਵਿੱਚ ਨੌਜਵਾਨਾਂ ਦੇ ਆਪਸੀ ਝਗੜੇ ਦੀਆਂ ਘਟਨਾਵਾਂ ਆਮ ਦਿਨ ਵਾਪਰਦੀਆਂ ਹਨ ਅਤੇ ਇਹਨਾਂ ਝਗੜਿਆਂ ਵਿੱਚ ਅਕਸਰ ਨੌਜਵਾਨਾਂ ਵੱਲੋਂ ਕ੍ਰਿਪਾਨਾਂ, ਕਿਰਚਾਂ ਅਤੇ ਚਾਕੂਆਂ ਦੀ ਵਰਤੋ ਕੀਤੀ ਜਾਂਦੀ ਹੈ। ਝਗੜਾ ਕਰਨ ਵਾਲੇ ਇਹ ਹਥਿਆਰਬੰਦ ਨੌਜਵਾਨ ਪੁਲੀਸ ਦੇ ਮੌਕੇ ਤੇ ਪਹੁੰਚਣ ਤੋਂ ਪਹਿਲਾਂ ਹੀ ਗਾਇਬ ਹੋ ਜਾਂਦੇ ਹਨ ਅਤੇ ਇਹਨਾਂ ਤੋਂ ਡਰਦਾ ਕੋਈ ਵੀ ਵਿਅਕਤੀ ਪੁਲੀਸ ਕੋਲ ਇਹਨਾਂ ਬਾਰੇ ਕੋਈ ਬਿਆਨ ਨਹੀਂ ਦਿੰਦਾ।
ਇਹਨਾਂ ਨੌਜਵਾਨਾਂ ਵਿੱਚ ਵੱਡੀ ਗਿਣਤੀ ਯੂਨੀਵਰਸਿਟੀ ਜਾਂ ਕਿਸੇ ਕਾਲਜ ਦੇ ਵਿਦਿਆਰਥੀ ਵੀ ਹੁੰਦੇ ਹਨ ਜੋ ਕਿ ਆਪਣਾ ਧਿਆਨ ਪੜਾਈ ਵਿੱਚ ਲਗਾਉਣ ਦੀ ਥਾਂ ਮਟਰਗਸ਼ਤੀ ਅਤੇ ਬਦਮਾਸ਼ੀ ਵਿੱਚ ਵਧੇਰੇ ਲਗਾਉਂਦੇ ਹਨ। ਕੁਝ ਸਮਾਂ ਪਹਿਲਾਂ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਵਾਲੇ ਇਲਾਕੇ ਵਿੱਚ ਇੱਕ ਵਿਦਿਆਰਥੀ ਦਾ ਕਤਲ ਵੀ ਕਰ ਦਿੱਤਾ ਗਿਆ ਸੀ, ਜਿਸ ਤੋਂ ਪਤਾ ਚਲਦਾ ਹੈ ਕਿ ਇਸ ਇਲਾਕੇ ਵਿੱਚ ਹਾਲਾਤ ਕਿੰਨੇ ਚਿੰਤਾਜਨਕ ਹਨ।
ਅਕਸਰ ਹੀ ਵੱਖ ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਵੀ ਵਿਦਿਆਰਥੀਆਂ ਦੇ ਵੱਖ ਵੱਖ ਧੜਿਆਂ ਵਿੱਚ ਲੜਾਈਆਂ ਤੇ ਝੜੱਪਾਂ ਹੁੰਦੀਆਂ ਰਹਿੰਦੀਆਂ ਹਨ। ਇਹਨਾਂ ਝੜੱਪਾਂ ਵਿੱਚ ਅਕਸਰ ਕ੍ਰਿਪਾਨਾਂ, ਕਿਰਚਾਂ ਅਤੇ ਚਾਕੂਆਂ ਦੀ ਸ਼ਰੇਆਮ ਵਰਤੋ ਕੀਤੀ ਜਾਂਦੀ ਹੈ। ਕਈ ਵਾਰ ਤਾਂ ਕੁਝ ਵਿਦਿਆਰਥੀ ਪਿਸਤੋਲ ਤੇ ਰਿਵਾਲਵਰ ਨਾਲ ਵੀ ਫਾਇਰ ਕਰ ਦਿੰਦੇ ਹਨ, ਜਿਸ ਨਾਲ ਦਹਿਸ਼ਤ ਫੈਲ ਜਾਂਦੀ ਹੈ। ਵੱਖ ਵੱਖ ਸੜਕਾਂ ਤੇ ਜਾਂਦੇ ਵਾਹਨ ਜੇ ਆਪਸ ਵਿੱਚ ਖਹਿ ਜਾਣ ਤਾਂ ਵਾਹਨ ਸਵਾਰਾਂ ਦੀ ਅਕਸਰ ਆਪਸ ਵਿੱਚ ਲੜਾਈ ਹੋ ਜਾਂਦੀ ਹੈ ਅਤੇ ਦੋਵੇਂ ਇੱਕ ਦੂਜੇ ਦਾ ਕਤਲ ਤੱਕ ਕਰਨ ਤੱਕ ਜਾਂਦੇ ਹਨ।
ਅਜਿਹਾ ਕੁਝ ਵੇਖ ਕੇ ਵੱਖ ਵੱਖ ਬੁੱਧੀਜੀਵੀ ਸਵਾਲ ਕਰਦੇ ਹਨ ਕਿ ਸਮਾਜ ਹੁਣ ਕਿਹੜੇ ਪਾਸੇ ਤੁਰ ਪਿਆ ਹੈ? ਆਮ ਲੋਕਾਂ ਵਿੱਚ ਸ਼ਹਿਣਸ਼ਕਤੀ ਦੀ ਘਾਟ ਹੋ ਗਈ ਹੈ। ਕੁਝ ਵਿਦਵਾਨ ਕਹਿੰਦੇ ਹਨ ਕਿ ਪੰਜਾਬ ਵਿੱਚ ਨਸ਼ਾ ਪ੍ਰਚਲਿਤ ਹੋਣ ਕਾਰਨ ਅਕਸਰ ਨਸ਼ੇੜੀ ਲੋਕ ਆਪਸ ਵਿੱਚ ਲੜ ਪੈਂਦੇ ਹਨ ਪਰ ਕਈ ਵਾਰ ਤਾਂ ਪੜੇ ਲਿਖੇ ਅਤੇ ਸਿਆਣੇ ਸਮਝੇ ਜਾਂਦੇ ਲੋਕਾਂ ਨੂੰ ਵੀ ਆਪਸ ਵਿੱਚ ਲੜਾਈ ਝਗੜੇ ਕਰਦਿਆਂ ਵੇਖਿਆ ਜਾਂਦਾ ਹੈ। ਕਈ ਵਾਰ ਤਾਂ ਗਲੀਆਂ ਵਿੱਚ ਖੇਡ ਰਹੇ ਬੱਚਿਆਂ ਦੀ ਮਾਮੂਲੀ ਲੜਾਈ ਉਹਨਾਂ ਦੇ ਮਾਪਿਆਂ ਲਈ ਸਿਰ ਪਾੜਨ ਤੇ ਲੱਤਾਂ ਬਾਹਾਂ ਤੋੜਨ ਵਾਲੀ ਲੜਾਈ ਤੱਕ ਪਹੁੰਚ ਜਾਂਦੀ ਹੈ।
ਸਮਾਜ ਦੇ ਮੋਹਰੀ ਆਗੂਆਂ ਅਤੇ ਵੱਖ ਵੱਖ ਸੰਤਾਂ ਮਹਾਂਪੁਰਸ਼ਾਂ ਨੂੰ ਚਾਹੀਦਾ ਹੈ ਕਿ ਉਹ ਆਮ ਲੋਕਾਂ ਨੂੰ ਸਹਿਣਸ਼ੀਲ ਰਹਿਣ ਦਾ ਉਪਦੇਸ਼ ਦੇਣ ਅਤੇ ਹਰ ਇੱਕ ਵਿਅਕਤੀ ਨੂੰ ਸ਼ਾਂਤੀ ਰੱਖਣ ਦਾ ਪ੍ਰਵਚਨ ਦਿੱਤਾ ਜਾਵੇ ਤਾਂ ਕਿ ਸਮਾਜ ਨੂੰ ਸਹੀ ਦਿਸ਼ਾ ਵਿੱਚ ਅੱਗੇ ਲਿਆਂਦਾ ਜਾ ਸਕੇ।
ਬਿਊਰੋ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
