Connect with us

Chandigarh

ਇਕੱਲੇ ਰਹਿਣ ਵਾਲੇ ਵਿਅਕਤੀ, ਸੀਨੀਅਰ ਸਿਟੀਜ਼ਨ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਬੱਚਿਆਂ ਦੇ ਮਾਪੇ ਵੀ ਹੁਣ ਲੈ ਸਕਣਗੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ : ਡਾ. ਬਲਬੀਰ ਸਿੰਘ

Published

on

ਯੋਜਨਾ ਤਹਿਤ ਨਿੱਜੀ ਹਸਪਤਾਲਾਂ ਵਿੱਚ 17 ਹੋਰ ਬਿਮਾਰੀਆਂ ਦੇ ਇਲਾਜ ਨੂੰ ਮੰਜੂਰੀ

ਚੰਡੀਗੜ੍ਹ, 3 ਜੂਨ (ਸ.ਬ.) ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ 17 ਹੋਰ ਮੈਡੀਕਲ ਪ੍ਰਕਿਰਿਆਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਯੋਜਨਾ ਦਾ ਦਾਇਰਾ ਵਧਾ ਕੇ ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਫੈਸਲੇ ਨਾਲ ਕੇਵਲ ਸਰਕਾਰੀ ਹਸਪਤਾਲਾਂ ਲਈ ਰਾਖਵੀਆਂ ਪ੍ਰਕਿਰਿਆਵਾਂ ਦੀ ਸੂਚੀ ਹੋਰ ਛੋਟੀ ਹੋ ਗਈ ਹੈ ਅਤੇ ਹੁਣ ਲਾਭਪਾਤਰੀਆਂ ਨੂੰ ਕਾਫ਼ੀ ਵੱਡੇ ਸਿਹਤ ਸੇਵਾ ਨੈਟਵਰਕ ਤੋਂ ਇਲਾਜ ਕਰਵਾਉਣ ਦਾ ਮੌਕਾ ਮਿਲੇਗਾ।

ਉਹਨਾਂ ਕਿਹਾ ਕਿ ਇਸ ਨਾਲ ਖ਼ਾਸ ਕਰਕੇ ਉਨ੍ਹਾਂ ਜ਼ਿਲ੍ਹਿਆਂ ਵਿੱਚ ਸਿਹਤ ਸੇਵਾਵਾਂ ਦੀ ਉਪਲੱਬਧਤਾ ਵਿੱਚ ਸੁਧਾਰ ਹੋਵੇਗਾ, ਜਿੱਥੇ ਮਾਹਿਰ ਡਾਕਟਰੀ ਸੇਵਾਵਾਂ ਸੀਮਤ ਹਨ ਜਾਂ ਸਰਕਾਰੀ ਹਸਪਤਾਲਾਂ ਉੱਤੇ ਜ਼ਿਆਦਾ ਮਰੀਜਾਂ ਦੀ ਨਿਰਭਰਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵੱਡੇ ਸਰਕਾਰੀ ਹਸਪਤਾਲਾਂ ਉੱਤੇ ਦਬਾਅ ਘਟੇਗਾ, ਉਡੀਕ ਸਮਾਂ ਘਟੇਗਾ ਅਤੇ ਮਰੀਜ਼ਾਂ ਨੂੰ ਸਮੇਂ ਸਿਰ ਇਲਾਜ ਮਿਲ ਸਕੇਗਾ।

ਉਹਨਾਂ ਦੱਸਿਆ ਕਿ ਨਵੀਆਂ ਮਨਜ਼ੂਰਸ਼ੁਦਾ ਪ੍ਰਕਿਰਿਆਵਾਂ ਨਾਲ ਲੋਕਾਂ ਨੂੰ ਭੀੜ-ਭੜੱਕੇ ਵਾਲੇ ਵੱਡੇ ਹਸਪਤਾਲਾਂ ਵਿੱਚ ਖੱਜਲ -ਖੁਆਰ ਹੋਣ ਦੀ ਬਜਾਏ ਆਪਣੇ ਘਰ ਦੇ ਨੇੜੇ ਹੀ ਇਲਾਜ ਮਿਲ ਸਕੇਗਾ। ਕੰਨ, ਨੱਕ ਅਤੇ ਗਲਾ (ਈਐਨਟੀ) ਇਲਾਜ ਦੇ ਤਹਿਤ ਹੁਣ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਨੱਕ ਦੀ ਹੱਡੀ ਦੇ ਫ੍ਰੈਕਚਰ ਦੀ ਸੈਟਿੰਗ ਅਤੇ ਐਡੀਨੋਇਡੈਕਟੋਮੀ ਵਰਗੇ ਅਪ੍ਰੇਸ਼ਨ ਕਰਵਾਏ ਜਾ ਸਕਣਗੇ । ਇਹ ਆਮ ਅਪ੍ਰੇਸ਼ਨ ਹਨ ਜਿਨ੍ਹਾਂ ਵਿੱਚ ਖ਼ਾਸ ਤੌਰ ਤੇ ਬੱਚਿਆਂ ਅਤੇ ਹਾਦਸਿਆਂ ਦੇ ਪੀੜਤਾਂ ਲਈ ਸਮੇਂ ਸਿਰ ਇਲਾਜ ਜ਼ਰੂਰੀ ਹੁੰਦਾ ਹੈ।

ਉਹਨਾਂ ਦੱਸਿਆ ਕਿ ਜਨਰਲ ਸਰਜਰੀ ਦੇ ਖੇਤਰ ਵਿੱਚ ਹਾਈਡ੍ਰੋਸੀਲ ਆਪਰੇਸ਼ਨ, ਫੋੜੇ ਦਾ ਇਲਾਜ, ਐਪੈਂਡਿਕਸ ਸਰਜਰੀ ਅਤੇ ਓਪਨ ਅਤੇ ਲੈਪ੍ਰੋਸਕੋਪਿਕ ਦੋਵੇਂ ਤਰ੍ਹਾਂ ਦੀ ਗਾਲ ਬਲੈਡਰ ਸਰਜਰੀਆਂ ਹੁਣ ਯੋਜਨਾ ਤਹਿਤ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਉਪਲੱਬਧ ਹੋਣਗੀਆਂ।

ਵਿਸਥਾਰਿਤ ਸੂਚੀ ਵਿੱਚ 12 ਹਫ਼ਤਿਆਂ ਤੋਂ ਵੱਧ ਸਮੇਂ ਦੀ ਗਰਭ ਪਾਤ ਸਬੰਧੀ ਪ੍ਰਕਿਰਿਆ, ਹਿਸਟੈਰੋਟੋਮੀ, ਗਰਭ ਅਵਸਥਾ ਨਾਲ ਜੁੜੀਆਂ ਸਮੱਸਿਆਵਾਂ ਲਈ ਹਸਪਤਾਲ ਵਿੱਚ ਦਾਖ਼ਲਾ ਅਤੇ ਨਾਬਾਲਗ ਲੜਕੀਆਂ, ਅਣਵਿਆਹੀਆਂ ਯੌਨ ਤੌਰ ਤੇ ਨਿਸ਼ਕ੍ਰਿਆ ਮਹਿਲਾਵਾਂ ਅਤੇ ਯੌਨ ਸ਼ੋਸ਼ਣ ਦੀਆਂ ਪੀੜਤਾਵਾਂ ਦੀ ਐਨੇਸਥੀਸੀਆ ਅਧੀਨ ਜਾਂਚ ਨੂੰ ਸ਼ਾਮਲ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਪਟੈਰਿਜੀਅਮ ਐਕਸੀਜ਼ਨ ਅਤੇ ਐਂਟਰੋਪੀਅਨ ਕਰੈਕਸ਼ਨ ਵਰਗੀਆਂ ਅੱਖਾਂ ਨਾਲ ਸਬੰਧਤ ਪ੍ਰਕਿਰਿਆਵਾਂ ਵੀ ਨਿੱਜੀ ਹਸਪਤਾਲਾਂ ਵਿੱਚ ਕਰਵਾਈਆਂ ਜਾ ਸਕਣਗੀਆਂ। ਇਸਦੇ ਨਾਲ ਹੀ ਆਰਥੋਪੀਡਿਕ ਮਰੀਜ਼ਾਂ ਨੂੰ ਟੈਂਡਨ ਰਿਲੀਜ਼, ਛੋਟੇ ਜੋੜਾਂ ਦੀਆਂ ਸੱਟਾਂ ਦੇ ਇਲਾਜ ਅਤੇ ਗਿੱਟੇ ਦੇ ਫ੍ਰੈਕਚਰ ਦੇ ਆਪਰੇਸ਼ਨਾਂ ਵਰਗੀਆਂ ਸਰਜਰੀਆਂ ਦਾ ਲਾਭ ਮਿਲੇਗਾ। ਇਨ੍ਹਾਂ ਨਵੀਆਂ ਪ੍ਰਕਿਰਿਆਵਾਂ ਦੇ ਪੈਕੇਜ ਰੇਟ 2,000 ਰੁਪਏ ਤੋਂ 27,800 ਰੁਪਏ ਤੱਕ ਨਿਰਧਾਰਤ ਕੀਤੇ ਗਏ ਹਨ। ਇਸ ਐਲਾਨ ਦੇ ਨਾਲ ਯੋਜਨਾ ਦੇ ਦਾਇਰੇ ਦਾ ਵਿਸਥਾਰ ਕਰਦਿਆਂ ਹੁਣ ਇਕੱਲੇ ਰਹਿਣ ਵਾਲੇ ਵਿਅਕਤੀ (ਜਿਨ੍ਹਾਂ ਵਿੱਚ ਸੀਨੀਅਰ ਸਿਟੀਜ਼ਨ, ਵਿਧਵਾਵਾਂ ਅਤੇ ਸੁਤੰਤਰ ਤੌਰ ਤੇ ਰਹਿਣ ਵਾਲੇ ਹੋਰ ਵਿਅਕਤੀ ਸ਼ਾਮਲ ਹਨ) ਵੀ ਇਸ ਯੋਜਨਾ ਦਾ ਲਾਭ ਲੈ ਸਕਣਗੇ।

ਪਹਿਲਾਂ ਇਹ ਸਿਹਤ ਬੀਮਾ ਪ੍ਰੋਗਰਾਮ ਦੋ ਜਾਂ ਇਸ ਤੋਂ ਵੱਧ ਮੈਂਬਰਾਂ ਵਾਲੇ ਪਰਿਵਾਰਾਂ ਤੱਕ ਸੀਮਤ ਸੀ। ਹੁਣ ਇਸ ਦਾ ਲਾਭ ਉਨ੍ਹਾਂ ਮਾਪਿਆਂ ਨੂੰ ਵੀ ਮਿਲੇਗਾ ਜਿਨ੍ਹਾਂ ਦੇ ਬੱਚੇ ਵਿਦੇਸ਼ਾਂ ਵਿੱਚ ਵੱਸਦੇ ਹਨ। ਅਰਜ਼ੀ ਦੇਣ ਲਈ ਪੰਜਾਬ ਦਾ ਆਧਾਰ ਕਾਰਡ ਅਤੇ ਵੋਟਰ ਪਛਾਣ ਪੱਤਰ ਪੇਸ਼ ਕਰਨਾ ਲਾਜ਼ਮੀ ਹੋਵੇਗਾ, ਜਦਕਿ 18 ਸਾਲ ਤੋਂ ਘੱਟ ਉਮਰ ਦੇ ਬਿਨੈਕਾਰਾਂ ਨੂੰ ਜਨਮ ਸਰਟੀਫਿਕੇਟ ਦੇਣਾ ਹੋਵੇਗਾ।

Continue Reading

Chandigarh

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ 50 ਫੀਸਦੀ ਮਹਿੰਗਾਈ ਭੱਤਾ

Published

on

By

ਮੁੱਖ ਮੰਤਰੀ ਅਤੇ ਮੁਲਾਜ਼ਮ ਧਿਰਾਂ ਵਿੱਚ ਬਣੀ ਸਹਿਮਤੀ

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਸਰਕਾਰ ਨੇ ਪਹਿਲੀ ਅਕਤੂਬਰ ਤੋਂ ਸਰਕਾਰੀ ਮੁਲਾਜ਼ਮਾਂ ਨੂੰ ਪੰਜਾਹ ਫ਼ੀਸਦੀ ਡੀ ਏ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਸਤੰਬਰ ਦੀ ਤਨਖ਼ਾਹ ਦਾ ਡੀਏ ਅਕਤੂਬਰ ਦੀ ਤਨਖਾਹ ਨਾਲ ਦੋ ਕਿਸ਼ਤਾਂ ਵਿੱਚ ਦੇਣ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਅੱਜ ਮੁੱਖ ਮੰਤਰੀ ਨਿਵਾਸ ਤੇ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਅਤੇ ਸਾਂਝੀ ਤਾਲਮੇਲ ਕਮੇਟੀ ਵਿਚਾਲੇ ਮਹਿੰਗਾਈ ਭੱਤੇ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਮੀਟਿੰਗ ਵਿੱਚ ਹੋਏ ਫ਼ੈਸਲਿਆਂ ਬਾਰੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਾਂਝੀ ਤਾਲਮੇਲ ਕਮੇਟੀ ਨੇ ਸਾਂਝੀ ਪ੍ਰੈਸ ਕਾਨਫ਼ਰੰਸ ਕਰਕੇ ਜਾਣੂ ਕਰਾਇਆ।

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਪਹਿਲੀ ਅਕਤੂਬਰ ਤੋਂ 50 ਫ਼ੀਸਦੀ ਮਹਿੰਗਾਈ ਭੱਤਾ ਦੇਵੇਗੀ। ਨਵੇਂ ਫ਼ੈਸਲੇ ਨਾਲ ਹੁਣ ਡੀ ਏ 42 ਫ਼ੀਸਦੀ ਤੋਂ ਵੱਧ ਕੇ 50 ਫ਼ੀਸਦੀ ਹੋ ਗਿਆ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ 60 ਫ਼ੀਸਦੀ ਡੀ ਏ ਦੀ ਮੰਗ ਕੀਤੀ ਜਾ ਰਹੀ ਸੀ ਪ੍ਰੰਤੂ ਮੀਟਿੰਗ ਵਿੱਚ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ। ਸਾਂਝੀ ਮੀਟਿੰਗ ਵਿੱਚ ਮੁਲਾਜ਼ਮਾਂ ਆਗੂਆਂ ਨੇ ਬਾਕੀ ਮੰਗਾਂ ਬਾਰੇ ਵੀ ਆਪਣਾ ਪੱਖ ਰੱਖਿਆ ਜਿਨ੍ਹਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਚਾਰ ਕਰਨ ਦਾ ਭਰੋਸਾ ਦਿੱਤਾ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਡੀ ਏ ਵਿੱਚ ਅੱਠ ਫ਼ੀਸਦੀ ਵਾਧੇ ਨਾਲ ਪੰਜਾਬ ਸਰਕਾਰ ਤੇ ਕਰੀਬ 250 ਕਰੋੜ ਦਾ ਵਿੱਤੀ ਬੋਝ ਪਵੇਗਾ। ਮੁੱਖ ਮੰਤਰੀ ਵੱਲੋਂ ਬਾਕੀ ਮੁਲਾਜ਼ਮਾਂ ਮੰਗਾਂ ਬਾਰੇ ਮੀਟਿੰਗ ਦੋ ਹਫ਼ਤੇ ਬਾਅਦ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਵਿੱਚ ਸਹਿਮਤੀ ਬਣਨ ਮਗਰੋਂ ਪੰਜਾਬ ਵਿੱਚ ਕਰੀਬ ਤਿੰਨ ਹਫ਼ਤੇ ਤੋਂ ਚੱਲ ਰਹੇ ਮੁਲਾਜ਼ਮ ਸੰਘਰਸ਼ ਦਾ ਅੰਤ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਵਿੱਚ ਆਪਣੀ ਵਿੱਤੀ ਮਜਬੂਰੀ ਦਾ ਹਵਾਲਾ ਦੇ ਕੇ ਮੁਲਾਜ਼ਮਾਂ ਨੂੰ ਅੱਠ ਫ਼ੀਸਦੀ ਡੀ ਏ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਦੇਣ ਦਾ ਐਲਾਨ ਕੀਤਾ। ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨੇ ਮੁਲਾਜ਼ਮਾਂ ਦੀਆਂ ਮੁਕੰਮਲ ਹੱਕਾਂ ਮੰਗਾਂ ਮੰਨਣ ਤੇ ਜ਼ੋਰ ਪਾਇਆ। ਸਾਂਝੀ ਤਾਲਮੇਲ ਕਮੇਟੀ ਦੇ ਮੁੱਖ ਕਨਵੀਨਰ ਗੁਰਨਾਮ ਸਿੰਘ ਵਿਰਕ ਅਤੇ ਮੈਂਬਰ ਸਤੀਸ਼ ਰਾਣਾ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਕਿਹਾ ਕਿ ਅੱਜ ਮੀਟਿੰਗ ਸੁਖਾਵੇਂ ਮਾਹੌਲ ਵਿੱਚ ਹੋਈ ਜਿਸ ਵਿੱਚ ਮੁੱਖ ਮੰਤਰੀ ਨੇ ਚਾਰ ਚਾਰ ਫ਼ੀਸਦੀ ਦੋ ਕਿਸ਼ਤਾਂ ਵਿੱਚ ਡੀ ਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਡੀ ਏ ਦਾ ਮਾਮਲਾ ਹਾਈ ਕੋਰਟ ਵਿੱਚ 21 ਅਗਸਤ ਨੂੰ ਸੁਣਵਾਈ ਅਧੀਨ ਹੈ ਅਤੇ ਉਨ੍ਹਾਂ ਨੂੰ ਅਦਾਲਤ ਤੇ ਪੂਰਨ ਭਰੋਸਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਦੂਜੇ ਗੇੜ ਦੀ ਮੀਟਿੰਗ ਅਕਤੂਬਰ ਦੇ ਪਹਿਲੇ ਹਫ਼ਤੇ ਕੀਤੀ ਜਾਵੇਗੀ ਜਿਸ ਵਿੱਚ ਬਾਕੀ ਮੰਗਾਂ ਬਾਰੇ ਫ਼ੈਸਲਾ ਲਿਆ ਜਾਵੇਗਾ। ਜੋ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ਹਨ, ਉਹ ਅਗਲੀ ਮੀਟਿੰਗ ਵਿੱਚ ਵਿਚਾਰੀਆਂ ਜਾਣਗੀਆਂ।

ਆਗੂਆਂ ਨੇ ਦੱਸਿਆ ਕਿ ਅੱਜ ਮੀਟਿੰਗ ਵਿੱਚ ਤਿੰਨ ਸਾਲ ਦੇ ਪਰਖ ਕਾਲ ਦੌਰਾਨ ਪੂਰੀ ਤਨਖ਼ਾਹ ਤੇ ਭੱਤੇ ਦੇਣ ਦੀ ਮੰਗ ਰੱਖੀ ਗਈ। ਮਾਣ ਭੱਤਾ ਲੈਣ ਵਾਲੇ ਮੁਲਾਜ਼ਮਾਂ ਦੀ ਮੰਗ ਉਠਾਈ ਗਈ ਅਤੇ ਪੰਜਾਬ ਸਰਕਾਰ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਖ਼ੁਦ ਸਰਕਾਰ ਵੱਲੋਂ 2022 ਵਿੱਚ ਜਾਰੀ ਕੀਤੇ ਪੱਤਰ ਦਾ ਚੇਤਾ ਕਰਾਇਆ ਗਿਆ। ਆਮਦਨ ਕਰ ਤੇ ਪੰਜਾਬ ਸਰਕਾਰ ਵੱਲੋਂ 200 ਰੁਪਏ ਦੇ ਲਗਾਏ ਟੈਕਸ ਦੀ ਵਾਪਸੀ ਦੀ ਮੰਗ ਕੀਤੀ ਗਈ। ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਲੈਣ ਦਾ ਮੁੱਦਾ ਵੀ ਚੁੱਕਿਆ ਗਿਆ।

Continue Reading

Chandigarh

ਦੁਖ ਦਾ ਪ੍ਰਗਟਾਵਾ

Published

on

By

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਸz. ਗੁਰਦੇਵ ਸਿੰਘ ਬਰਾੜ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਸz. ਬਰਾੜ ਸਿੱਖ ਐਜੁਕੇਸਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਧਾਨ ਸਰਦਾਰ ਗੁਰਦੇਵ ਸਿੰਘ ਬਰਾੜ ਪੰਥ ਦਰਦੀ ਅਤੇ ਪੰਥ ਪ੍ਰਸਤ ਆਗੂ ਸਨ ਜਿਹਨਾਂ ਦੇ ਅਕਾਲ ਚਲਾਣੇ ਨਾਲ ਪੰਥ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਉਹਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਹਮਲਾ ਕਰਨ ਤੋਂ ਪਹਿਲਾਂ ਸਰਦਾਰ ਗੁਰਦੇਵ ਸਿੰਘ ਬਰਾੜ ਅੰਮ੍ਰਿਤਸਰ ਸਾਹਿਬ ਜ਼ਿਲੇ ਦੇ ਡੀ ਸੀ ਸਨ ਅਤੇ ਜਦੋਂ ਉਹਨਾਂ ਤੋਂ ਮਨਜ਼ੂਰੀ ਮੰਗੀ ਤਾਂ ਸz. ਬਰਾੜ ਨੇ ਸਪੱਸ਼ਟ ਕਿਹਾ ਸੀ ਕਿ ਉਹ ਆਪਣੇ ਗੁਰੂ ਦੇ ਘਰ ਉੱਤੇ ਹਮਲੇ ਦੀ ਲਈ ਸਹਿਮਤੀ ਨਹੀਂ ਦੇਣਗੇ ਅਤੇ ਇਸ ਦਲੇਰੀ ਕਾਰਨ ਉਹਨਾਂ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ।

Continue Reading

Chandigarh

ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ

Published

on

By

ਚੰਡੀਗੜ੍ਹ, 17 ਸਤੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਉਹਨਾਂ ਨੂੰ ਹੁਣ ਵਧੀਕ ਮੁੱਖ ਸਕੱਤਰ ਵਜੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਟਰਾਂਸਪੋਰਟ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

ਅਨੁਰਾਗ ਵਰਮਾ ਦੀ ਥਾਂ ਤੇ ਹੁਣ ਜਸਪ੍ਰੀਤ ਤਲਵਾੜ ਨੂੰ ਵਿੱਤ ਕਮਿਸ਼ਨਰ (ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ) ਲਾਇਆ ਗਿਆ ਹੈ। ਉਨ੍ਹਾਂ ਨੂੰ ਖਣਨ ਤੇ ਭੂ ਵਿਗਿਆਨ ਵਿਭਾਗ ਅਤੇ ਨਿਆਂ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਅਰਸ਼ਦੀਪ ਸਿੰਘ ਥਿੰਦ ਨੂੰ ਹੁਣ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਹੋਣਗੇ ਅਤੇ ਉਨ੍ਹਾਂ ਨੂੰ ਯੋਜਨਾ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਟਰਾਂਸਪੋਰਟ ਵਿਭਾਗ ਵਿੱਚੋਂ ਬਦਲੇ ਵਰੁਣ ਰੂਜ਼ਮ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਵਜੋਂ ਕੰਮ ਕਰਦੇ ਰਹਿਣਗੇ। ਇਹ ਤਬਾਦੇਲ ਤੁੰਰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।

Continue Reading

Latest News

Trending