Connect with us

Punjab

ਰਾਜਨੀਤੀ ਵਿੱਚ ਮਹਿਲਾਵਾਂ ਨੂੰ ਬਣਦਾ ਹੱਕ ਅਤੇ ਰੁਤਬਾ ਮਿਲਣਾ ਜਰੂਰੀ : ਬਲਜੀਤ ਕੌਰ

Published

on

ਪੰਜਾਬ ਦੀ ਮਹਿਲਾ ਕਾਂਗਰਸ ਪ੍ਰਧਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਅੰਮ੍ਰਿਤਸਰ, 4 ਜੂਨ (ਸ.ਬ.) ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਨਵ-ਨਿਯੁਕਤ ਪ੍ਰਧਾਨ ਸ੍ਰੀਮਤੀ ਬਲਜੀਤ ਕੌਰ ਨੇ ਅੱਜ ਅਮ੍ਰਿਤਸਰ ਪਹੁੰਚ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਅਤੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਆਪਣੇ ਕਾਰਜਕਾਲ ਦੀ ਰਸਮੀ ਸ਼ੁਰੂਆਤ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਜ਼ਿਲ੍ਹਾ ਮਹਿਲਾ ਕਾਂਗਰਸ ਅੰਮ੍ਰਿਤਸਰ ਦੀ ਪ੍ਰਧਾਨ ਸ੍ਰੀਮਤੀ ਰਜਨੀ ਸ਼ਰਮਾ, ਪੰਜਾਬ ਮਹਿਲਾ ਕਾਂਗਰਸ ਦੀ ਉਪ ਪ੍ਰਧਾਨ ਸ੍ਰੀਮਤੀ ਰੀਆ ਗਿੱਲ ਸਮੇਤ ਅਤੇ ਵੱਡੀ ਗਿਣਤੀ ਵਿੱਚ ਮਹਿਲਾ ਕਾਂਗਰਸ ਆਗੂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸ੍ਰੀਮਤੀ ਬਲਜੀਤ ਕੌਰ ਨੇ ਕਿਹਾ ਕਿ ਉਹ ਭਾਗਾਂ ਵਾਲੇ ਹਨ ਕਿ ਉਹਨਾਂ ਨੂੰ ਗੁਰੂ ਸਾਹਿਬ ਦਾ ਅਸ਼ੀਰਵਾਦ ਲੈ ਕੇ ਆਪਣੀ ਨਵੀਂ ਜਿੰਮੇਵਾਰੀ ਦੀ ਸ਼ੁਰੂਆਤ ਕਰਨ ਦਾ ਮੌਕਾ ਮਿਲਿਆ ਹੈ। ਉਹਨਾਂ ਕਿਹਾ ਕਿ ਮਹਿਲਾਵਾਂ ਹੁਣ ਰਾਜਨੀਤੀ ਵਿੱਚ ਪਹਿਲਾਂ ਦੇ ਮੁਕਾਬਲੇ ਵੱਧ ਸਰਗਰਮ ਹਨ ਅਤੇ ਉਹਨਾਂ ਨੂੰ ਹੱਲਾਸ਼ੇਰੀ ਦੇਣ ਲਈ ਰਾਜਨੀਤੀ ਵਿੱਚ ਮਹਿਲਾਵਾਂ ਨੂੰ ਬਣਦਾ ਹੱਕ ਅਤੇ ਰੁਤਬਾ ਦਿੱਤਾ ਜਾਣਾ ਜਰੂਰੀ ਹੈ। ਉਹਨਾਂ ਕਿਹਾ ਕਿ ਉਹ ਪੰਜਾਬ ਦੀਆਂ ਮਹਿਲਾਵਾਂ ਦੇ ਹੱਕਾਂ, ਸਸ਼ਕਤੀਕਰਨ ਅਤੇ ਭਲਾਈ ਲਈ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨਗੇ।

ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸ੍ਰੀਮਤੀ ਬਲਜੀਤ ਕੌਰ ਨੇ ਅੰਮ੍ਰਿਤਸਰ ਵਿਖੇ ਆਯੋਜਿਤ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਸੰਗਠਨਾਤਮਕ ਪ੍ਰੋਗਰਾਮਾਂ ਵਿੱਚ ਵੀ ਸ਼ਿਰਕਤ ਕੀਤੀ ਅਤੇ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨਾਲ ਮੁਲਾਕਾਤ ਕੀਤੀ।

ਇਸ ਮੌਕੇ ਮਹਿਲਾ ਕਾਂਗਰਸ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਆਗੂਆਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਸ੍ਰੀਮਤੀ ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਮਹਿਲਾ ਕਾਂਗਰਸ ਹੋਰ ਮਜ਼ਬੂਤ ਹੋਵੇਗੀ ਅਤੇ ਸੰਗਠਨ ਨੂੰ ਨਵੀਆਂ ਉਚਾਈਆਂ ਤੱਕ ਲੈ ਕੇ ਜਾਵੇਗੀ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਅਤੇ ਹੋਰ ਸੀਨੀਅਰ ਕਾਂਗਰਸੀ ਆਗੂ ਵੀ ਮੌਜੂਦ ਰਹੇ।

Continue Reading

Chandigarh

ਪੰਜਾਬ ਵਿੱਚ ਚੋਣ ਜਾਬਤਾ ਲਾਗੂ ਕੀਤਾ ਜਾਵੇ : ਸੁਨੀਲ ਜਾਖੜ

Published

on

By

ਰਾਜਪਾਲ ਨੂੰ ਲਿਖਿਆ ਪੱਤਰ, ਸਰਕਾਰ ਨੇ ਮੰਨਿਆ ਪੰਜਾਬ ਵਿੱਚ ਵਿਗੜ ਚੁੱਕੀ ਹੈ ਕਾਨੂੰਨ ਵਿਵਸਥਾ

ਚੰਡੀਗੜ੍ਹ, 29 ਅਕਤੂਬਰ (ਸ.ਬ.) ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਚੋਣ ਕਮਿਸ਼ਨ ਕੋਲ ਸਿਫ਼ਾਰਸ਼ ਕਰਕੇ ਪੰਜਾਬ ਵਿੱਚ ਚੋਣ ਜਾਬਤਾ ਲਾਗੂ ਕੀਤਾ ਜਾਵੇ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਖ਼ੁਦ ਮੰਨਿਆ ਹੈ ਕਿ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਵਿਗੜ ਚੁੱਕੀ ਹੈ ਇਸ ਲਈ ਸੂਬੇ ਵਿੱਚ ਜਲਦ ਤੋਂ ਜਲਦ ਮਾਡਲ ਚੋਣ ਜ਼ਾਬਤਾ ਲਾਗੂ ਕੀਤਾ ਜਾਵੇ।

ਉਨ੍ਹਾਂ ਦੋਸ਼ ਲਾਇਆ ਕਿ ਜੇਲ੍ਹਾਂ ਤੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਚਲਾਈ ਜਾ ਰਹੀ ਹੈ ਅਤੇ ਤਸਕਰਾਂ ਤੇ ਕਾਤਲਾਂ ਨੂੰ ਪੈਰੋਲ ਤੇ ਰਿਹਾਅ ਕਰਕੇ ਵਿਦੇਸ਼ ਭੱਜਣ ਵਿੱਚ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦਾਅਵਾ ਕੀਤਾ ਕਿ ਔਰਤਾਂ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਨੂੰ ਦਬਾਉਣ ਲਈ ਕਰੋੜਾਂ ਰੁਪਏ ਦੇ ਲੈਣ-ਦੇਣ ਕੀਤੇ ਜਾ ਰਹੇ ਹਨ, ਅਤੇ ਦੋਸ਼ੀਆਂ ਨੂੰ ਦੇਸ਼ ਛੱਡਣ ਵਿੱਚ ਮਦਦ ਕੀਤੀ ਜਾ ਰਹੀ ਹੈ।

ਉਹਨਾਂ ਲਿਖਿਆ ਹੈ ਕਿ ਸੂਬੇ ਵਿੱਚ ਕੋਈ ਵੀ ਸੁਰੱਖਿਅਤ ਨਹੀਂ ਹੈ ਅਤੇ ਨਸ਼ਿਆਂ ਖ਼ਿਲਾਫ਼ ਉੱਠਣ ਵਾਲੀਆਂ ਆਵਾਜ਼ਾਂ ਨੂੰ ਗੋਲੀਆਂ ਨਾਲ ਦਬਾਇਆ ਜਾ ਰਹਾ ਹੈ।

ਰਾਜਪਾਲ ਨੂੰ ਲਿਖੇ ਪੱਤਰ ਵਿੱਚ ਜਾਖੜ ਨੇ ਪ੍ਰਸ਼ਾਸਨ ਵੱਲੋਂ ਅਬੋਹਰ ਵਿੱਚ ਸਾਲਾਨਾ ਐਂਟੀ-ਡਰੱਗ (ਨਸ਼ਾ ਵਿਰੋਧੀ) ਮੈਰਾਥਨ ਦੀ ਇਜਾਜ਼ਤ ਦੇਣ ਤੋਂ ਕੀਤੇ ਇਨਕਾਰ ਦਾ ਜ਼ਿਕਰ ਕਰਦਿਆਂ ਕਿਹਾ ਹੈ ਕਿ ਲਿਖਤੀ ਇਨਕਾਰ ਵਿੱਚ ਅਨੁਕੂਲ ਮਾਹੌਲ ਨਾ ਹੋਣ ਅਤੇ ਕਾਨੂੰਨ ਤੇ ਵਿਵਸਥਾ ਦੀ ਮਾੜੀ ਸਥਿਤੀ ਦਾ ਹਵਾਲਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਇਹ ਮੈਰਾਥਨ ਅਬੋਹਰ ਵਿੱਚ ਕਈ ਸਾਲਾਂ ਤੋਂ ਜਾਰੀ ਹੈ ਅਤੇ ਇਸ ਵਿੱਚ ਹਜ਼ਾਰਾਂ ਨੌਜਵਾਨ ਹਿੱਸਾ ਲੈਂਦੇ ਹਨ। ਜਾਖੜ ਨੇ ਆਪਣੀ ਬੇਨਤੀ ਨਾਲ ਪ੍ਰਸ਼ਾਸਨ ਦੇ ਪੱਤਰ ਦੀ ਕਾਪੀ ਵੀ ਨੱਥੀ ਕੀਤੀ ਹੈ। ਉਹਨਾਂ ਕਿਹਾ ਕਿ ਹਾਲਾਂਕਿ ਉਹ ਇਸ ਸਰਕਾਰ ਅਤੇ ਇਸ ਦੀਆਂ ਨੀਤੀਆਂ ਦਾ ਵਿਰੋਧ ਕਰਦੇ ਹਨ, ਪਰ ਮੈਂ ਪਹਿਲੀ ਵਾਰ ਸਰਕਾਰ ਵੱਲੋਂ ਕਬੂਲ ਕੀਤੀ ਗਈ ਇਸ ਕੋੜੀ ਸੱਚਾਈ ਨਾਲ ਸਹਿਮਤ ਹਾਂ।

ਉਨ੍ਹਾਂ ਅੰਮ੍ਰਿਤਸਰ, ਤਰਨ ਤਾਰਨ, ਖੇਮਕਰਨ, ਗੁਰਦਾਸਪੁਰ, ਹਰਗੋਬਿੰਦਪੁਰ, ਮਾਨਸਾ, ਅਬੋਹਰ, ਸੰਗਰੂਰ ਅਤੇ ਲੁਧਿਆਣਾ ਵਰਗੀਆਂ ਥਾਵਾਂ ਦੀ ਸੂਚੀ ਦਿੱਤੀ, ਜਿੱਥੇ ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਨੂੰ ਸ਼ਰੇਆਮ ਮਾਰਿਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਪੁਲੀਸ ਨਸ਼ਿਆਂ ਕਾਰਨ ਮਰੇ ਬੱਚਿਆਂ ਦੀਆਂ ਦੇਹਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਤੋਂ ਜ਼ਬਰਦਸਤੀ ਛੁਡਵਾ ਕੇ ਲੈ ਜਾ ਰਹੀ ਹੈ ਅਤੇ ਨਸ਼ਿਆਂ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਪੁਲੀਸ ਜਬਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਾਂ ਉਨ੍ਹਾਂ ਨੂੰ ਖ਼ੁਦਕੁਸ਼ੀ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਅਜਿਹੇ ਮਾਹੌਲ ਵਿੱਚ ਸਰਹੱਦੀ ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਅਮਨ-ਅਮਾਨ ਨਾਲ ਚੋਣਾਂ ਕਰਵਾਉਣਾ ਅਸੰਭਵ ਹੋ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਵਿਧਾਨ ਸਭਾ ਚੋਣਾਂ ਆਉਣ ਤੱਕ ਸਰਕਾਰ ਅਜਿਹਾ ਖੌਫ਼ ਪੈਦਾ ਕਰ ਦੇਵੇਗੀ ਕਿ ਨਾਗਰਿਕ ਬਿਨਾਂ ਡਰ ਤੋਂ ਵੋਟ ਨਹੀਂ ਪਾ ਸਕਣਗੇ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੂੰ ਹੋਰ ਸਮਾਂ ਦੇਣਾ ਲੋਕਾਂ ਦੇ ਮੌਲਿਕ ਅਤੇ ਮਾਨਵ ਅਧਿਕਾਰਾਂ ਦੀ ਹੋਰ ਉਲੰਘਣਾ ਕਰਨ ਦੀ ਇਜਾਜ਼ਤ ਦੇਣ ਦੇ ਬਰਾਬਰ ਹੋਵੇਗਾ।

Continue Reading

Chandigarh

ਪੰਜਾਬ ਵਿੱਚ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਸ਼ੁਰੂ ਹੋਇਆ ਸੀ ਨਸ਼ੇ ਦਾ ਕਾਰੋਬਾਰ : ਹਰਪਾਲ ਚੀਮਾ

Published

on

By

ਚੰਡੀਗੜ੍ਹ, 29 ਅਕਤੂਬਰ (ਸ.ਬ.) ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਪ੍ਰਦੇਸ਼ ਵਿੱਚ ਨਸ਼ੇ ਦਾ ਕਾਰੋਬਾਰ ਸ਼ੁਰੂ ਹੋਇਆ ਅਤੇ ਕਾਂਗਰਸ ਸਰਕਾਰ ਦੇ ਸਮੇਂ ਵੀ ਇਹ ਜਾਰੀ ਰਿਹਾ।

ਉਨ੍ਹਾਂ ਕਿਹਾ ਕਿ ਮਾਰਚ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪ੍ਰਦੇਸ਼ ਵਿੱਚ ਨਸ਼ੇ ਅਤੇ ਗੈਂਗਸਟਰਵਾਦ ਖ਼ਿਲਾਫ਼ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਸਰਕਾਰ ਬਣਦਿਆਂ ਹੀ ਐਂਟੀ ਗੈਂਗਸਟਰ ਟਾਸਕ ਫ਼ੋਰਸ ਦਾ ਗਠਨ ਕੀਤਾ ਗਿਆ, ਜਿਸ ਨੇ ਅਪਰਾਧੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਏਜੀਟੀਐਫ ਨੇ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਵੱਡੀ ਗਿਣਤੀ ਵਿੱਚ ਦੋਸ਼ੀਆਂ ਨੂੰ ਫੜਿਆ ਅਤੇ ਨਾਜਾਇਜ਼ ਹਥਿਆਰ ਵੀ ਬਰਾਮਦ ਕੀਤੇ। ਉਨ੍ਹਾਂ ਮੁਤਾਬਕ, 188 ਅਜਿਹੇ ਲੋਕਾਂ ਨੂੰ ਵੀ ਫੜਿਆ ਗਿਆ, ਜੋ ਅਪਰਾਧ ਵਿੱਚ ਸ਼ਾਮਲ ਸਨ।

ਨਸ਼ੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦਾ ਬਿਓਰਾ ਦਿੰਦਿਆਂ ਉਹਨਾਂ ਕਿਹਾ ਕਿ ਪ੍ਰਦੇਸ਼ ਵਿੱਚ ਹੁਣ ਤੱਕ 68,545 ਮਾਮਲੇ ਦਰਜ ਕੀਤੇ ਗਏ ਹਨ ਅਤੇ ਕਰੀਬ 89 ਹਜ਼ਾਰ ਦੋਸ਼ੀਆਂ ਨੂੰ ਫੜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਾਰਵਾਈ ਦੌਰਾਨ ਚਾਰ ਕੁਇੰਟਲ ਹੈਰੋਇਨ ਅਤੇ 23 ਕਰੋੜ ਰੁਪਏ ਤੋਂ ਵੱਧ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਉਹਨਾਂ ਕਿਹਾ ਕਿ ਨਸ਼ਾ ਤਸਕਰੀ ਖ਼ਿਲਾਫ਼ ਮੁਹਿੰਮ ਵਿੱਚ ਮੈਡੀਕਲ ਨਸ਼ੇ ਤੇ ਵੀ ਕਾਰਵਾਈ ਕੀਤੀ ਗਈ ਹੈ। ਇਸ ਦੌਰਾਨ 67 ਲੱਖ ਤੋਂ ਵੱਧ ਮੈਡੀਕਲ ਨਸ਼ੇ ਦੀਆਂ ਗੋਲੀਆਂ ਜਾਂ ਹੋਰ ਸੰਬੰਧਿਤ ਸਮੱਗਰੀ ਅਤੇ 4,200 ਟੀਕੇ ਫੜੇ ਗਏ ਹਨ। ਇਸ ਤੋਂ ਇਲਾਵਾ 84 ਕਿਲੋਗ੍ਰਾਮ ਨਸ਼ੀਲਾ ਪਾਊਡਰ ਵੀ ਬਰਾਮਦ ਕੀਤਾ ਗਿਆ ਹੈ।

ਉਹਨਾਂ ਦਾਅਵਾ ਕੀਤਾ ਕਿ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਦੇ ਤਹਿਤ ਨਸ਼ਾ ਤਸਕਰੀ ਤੇ ਰੋਕ ਲਗਾਉਣ ਲਈ ਡਰੋਨ ਰਾਹੀਂ ਹੋਣ ਵਾਲੀਆਂ ਗਤੀਵਿਧੀਆਂ ਤੇ ਵੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਨਸ਼ੇ ਦੀ ਸਪਲਾਈ ਚੇਨ ਤੋੜਨ ਲਈ ਪੁਲੀਸ ਲਗਾਤਾਰ ਕਾਰਵਾਈ ਕਰ ਰਹੀ ਹੈ।

Continue Reading

Punjab

ਅਕਾਲੀ ਸਰਕਾਰ ਆਉਣ ਤੇ ਪੰਜਾਬ ਵਿੱਚੋਂ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਦਾ ਕੀਤਾ ਜਾਵੇਗਾ ਸਫ਼ਾਇਆ: ਸੁਖਬੀਰ ਬਾਦਲ

Published

on

By

ਵਪਾਰੀਆਂ ਦੀਆਂ ਸਮੱਸਿਆਵਾਂ ਹੱਲ ਕਰਨਾ ਹੋਵੇਗਾ ਪਹਿਲਾ ਮੁੱਦਾ

ਬਰਨਾਲਾ, 29 ਅਕਤੂਬਰ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸz. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਵਿੱਚ ਅਕਾਲੀ ਦਲ ਸਰਕਾਰ ਆਉਣ ਤੇ ਪੰਜਾਬ ਵਿੱਚੋਂ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਦਾ ਮੁਕੰਮਲ ਸਫ਼ਾਇਆ ਕੀਤਾ ਜਾਵੇਗਾ। ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਦੀ ਅਗਵਾਈ ਹੇਠ ਸਥਾਨਕ ਨਿੱਜੀ ਪੈਲੇਸ ਵਿੱਚ ਵਪਾਰੀਆਂ ਨਾਲ ਕੀਤੀ ਗਈ ਮਿਲਨੀ ਦੌਰਾਨ ਵਿਸ਼ੇਸ਼ ਤੌਰ ਤੇ ਪਹੁੰਚੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਵਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹਲ ਕੀਤਾ ਜਾਵੇਗਾ।

ਪਰਮਿੰਦਰ ਸਿੰਘ ਝੋਟਾ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਉਹਨਾਂ ਕਿਹਾ ਕਿ ਸਰਕਾਰ ਹਰ ਫਰੰਟ ਤੇ ਫੇਲ੍ਹ ਸਾਬਤ ਹੋ ਰਹੀ ਹੈ। ਉਹਨਾਂ ਕਿਹਾ ਕਿ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਬਹੁਤ ਜ਼ਰੂਰੀ ਹੈ ਅਤੇ ਇਸ ਲਈ ਸਰਕਾਰ ਨੂੰ ਗੰਭੀਰਤਾ ਨਾਲ ਕੰਮ ਕਰਨਾ ਚਾਹੀਦਾ ਹੈ। ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੇ ਸਵਾਲ ਚੁੱਕਦਿਆਂ ਉਹਨਾਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਤਸਕਰਾਂ ਦੀ ਖ਼ੈਰ ਨਹੀਂ ਹੋਵੇਗੀ। ਨਸ਼ਾ ਤਸਕਰੀ ਰਾਹੀਂ ਬਣਾਈਆਂ ਗਈਆਂ ਜਾਇਦਾਦਾਂ ਕੁਰਕ ਕਰਨ ਲਈ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ਤੇ ਸੂਬੇ ਵਿੱਚੋਂ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਦਾ ਸਫ਼ਾਇਆ ਕਰਨ ਲਈ ਸਖ਼ਤ ਕਦਮ ਚੁੱਕੇ ਜਾਣਗੇ।

ਗੈਂਗਸਟਰਵਾਦ ਦੇ ਮੁੱਦੇ ਤੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ਤੇ ਪੰਜਾਬ ਵਿੱਚੋਂ ਗੈਂਗਸਟਰਵਾਦ ਦਾ ਖ਼ਾਤਮਾ ਕੀਤਾ ਜਾਵੇਗਾ। ਉਨ੍ਹਾਂ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਦਾਅਵਾ ਕਰਦਿਆਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਮੁੜ ਬਹਾਲ ਕਰਨਾ ਉਨ੍ਹਾਂ ਦੀ ਤਰਜੀਹ ਹੋਵੇਗੀ।

ਵਪਾਰੀਆਂ ਨਾਲ ਤਾਲਮੇਲ ਦੀ ਮਹੱਤਤਾ ਬਾਰੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਵਪਾਰੀਆਂ ਦੀ ਤਰੱਕੀ ਨਾਲ ਹੀ ਰੁਜ਼ਗਾਰ ਦੇ ਮੌਕੇ ਵਧਣਗੇ ਅਤੇ ਸੂਬੇ ਦੀ ਆਰਥਿਕਤਾ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ।

ਇਸ ਮੌਕੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦੀ ਸਕੱਤਰ ਬਲਵੀਰ ਸਿੰਘ ਘੁੰਨਸ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਸਮੇਤ ਪਾਰਟੀ ਦੇ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਵਪਾਰੀ ਹਾਜ਼ਰ ਸਨ।

Continue Reading

Latest News

Trending