Punjab
ਆਈ ਓ ਐਲ ਕੈਮੀਕਲ ਫੈਕਟਰੀ ਵਿੱਚ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ
ਬਰਨਾਲਾ, 10 ਜੂਨ (ਸ.ਬ.) ਬਰਨਾਲਾ ਦੇ ਪਿੰਡ ਫਤਿਹਗੜ੍ਹ ਛੰਨਾ ਵਿੱਚ ਸਥਿਤ ਆਈਓਐਲ ਕੈਮੀਕਲ ਫੈਕਟਰੀ ਵਿੱਚ ਬੀਤੀ ਰਾਤ ਫੈਕਟਰੀ ਦੀ ਇੱਕ ਯੂਨਿਟ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਹੋਏ ਧਮਾਕੇ ਦੇ ਬਾਵਜੂਦ, ਮਜ਼ਦੂਰਾਂ ਦੀ ਸੂਝ-ਬੂਝ ਅਤੇ ਪ੍ਰਸ਼ਾਸਨਿਕ ਮੁਸਤੈਦੀ ਨਾਲ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਸਮੇਂ ਸਿਰ ਕੀਤੀ ਗਈ ਕਾਰਵਾਈ ਨੇ ਜਾਨ-ਮਾਲ ਦੇ ਵੱਡੇ ਨੁਕਸਾਨ ਨੂੰ ਟਾਲਦਿਆਂ ਦੋਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ।
ਫੈਕਟਰੀ ਅਧਿਕਾਰੀ ਬਸੰਤ ਸਿੰਘ ਜਵੰਧਾ ਨੇ ਹਾਦਸੇ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੀ ਰਾਤ 10:00 ਵਜੇ ਦੇ ਕਰੀਬ, ਯੂਨਿਟ ਨੰਬਰ 9 ਵਿੱਚ ਤਿੰਨ ਮਜ਼ਦੂਰ ਆਪਣਾ ਆਮ ਕੰਮ ਕਰ ਰਹੇ ਸਨ। ਇਸ ਦੌਰਾਨ, ਮੋਨੈਕਸੀ ਦਵਾਈ ਬਣਾਉਣ ਲਈ ਵਰਤੇ ਜਾਂਦੇ ਇੱਕ ਵੱਡੇ ਟੈਂਕ ਦਾ ਤਾਪਮਾਨ ਅਚਾਨਕ ਖ਼ਤਰਨਾਕ ਪੱਧਰ ਤੱਕ ਵਧ ਗਿਆ। ਟੈਂਕ ਦੇ ਪੂਰੀ ਤਰ੍ਹਾਂ ਫਟਣ ਤੋਂ ਪਹਿਲਾਂ, ਉੱਥੇ ਮੌਜੂਦ ਤਿੰਨ ਮਜ਼ਦੂਰਾਂ ਨੂੰ ਖ਼ਤਰਾ ਮਹਿਸੂਸ ਹੋਇਆ ਅਤੇ ਉਹ ਤੁਰੰਤ ਯੂਨਿਟ ਤੋਂ ਬਾਹਰ ਭੱਜ ਗਏ। ਜਿਵੇਂ ਹੀ ਉਹ ਬਾਹਰ ਨਿਕਲੇ, ਟੈਂਕ ਇੱਕ ਜ਼ੋਰਦਾਰ ਧਮਾਕੇ ਨਾਲ ਫਟ ਗਿਆ। ਮਜ਼ਦੂਰਾਂ ਦੀ ਇਸ ਤੁਰੰਤ ਪ੍ਰਤੀਕਿਰਿਆ ਨੇ ਉਨ੍ਹਾਂ ਤਿੰਨਾਂ ਦੀ ਜਾਨ ਬਚਾ ਲਈ ਅਤੇ ਫੈਕਟਰੀ ਵਿੱਚ ਇੱਕ ਵੱਡੀ ਮਨੁੱਖੀ ਤ੍ਰਾਸਦੀ ਹੋਣੋਂ ਰੋਕ ਦਿੱਤੀ। ਪ੍ਰਬੰਧਨ ਦੇ ਅਨੁਸਾਰ, ਸੁਰੱਖਿਆ ਉਪਕਰਣਾਂ ਦੇ ਸਮੇਂ ਸਿਰ ਚੱਲਣ ਕਾਰਨ ਵਿੱਤੀ ਨੁਕਸਾਨ ਵੀ ਕਾਫ਼ੀ ਸੀਮਤ ਰਿਹਾ।
ਘਟਨਾ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ, ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਅਤੇ ਜ਼ਿਲ੍ਹਾ ਪੁਲੀਸ ਮੁਖੀ ਮੁਹੰਮਦ ਸਰਫਰਾਜ਼ ਆਲਮ ਨੇ ਅੱਧੀ ਰਾਤ ਨੂੰ ਹੀ ਸੁਰੱਖਿਆ ਸਮੀਖਿਆ ਕੀਤੀ। ਉਹ ਆਪਣੀ ਟੀਮ ਨਾਲ ਰਾਤ ਨੂੰ ਹੀ ਮੌਕੇ ਤੇ ਪਹੁੰਚੇ, ਪੂਰੀ ਯੂਨਿਟ ਦਾ ਨਿਰੀਖਣ ਕੀਤਾ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੌਕੇ ਤੇ ਪਹੁੰਚੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਰਾਹਤ ਦਾ ਸਾਹ ਲੈਂਦਿਆਂ ਦੱਸਿਆ ਕਿ ਰਾਤ 10:00 ਵਜੇ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ, ਆਫ਼ਤ ਪ੍ਰਬੰਧਨ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੁਰੰਤ ਹਰਕਤ ਵਿੱਚ ਆ ਗਈਆਂ। ਸਿਰਫ਼ 14 ਮਿੰਟਾਂ ਦੇ ਅੰਦਰ, ਯਾਨੀ ਰਾਤ 10:14 ਵਜੇ ਤੱਕ, ਅੱਗ ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ ਅਤੇ ਇਸ ਨੂੰ ਫੈਲਣ ਤੋਂ ਰੋਕ ਦਿੱਤਾ ਗਿਆ। ਇਸ ਘਟਨਾ ਵਿੱਚ ਕੋਈ ਗੰਭੀਰ ਜਾਨੀ ਨੁਕਸਾਨ ਨਹੀਂ ਹੋਇਆ ਹੈ ਅਤੇ ਸਥਿਤੀ ਹੁਣ ਪੂਰੀ ਤਰ੍ਹਾਂ ਸੁਰੱਖਿਅਤ ਹੈ।
Mohali
ਮੁਹਾਲੀ ਪੁਲੀਸ ਨੇ ਸੁਲਝਾਈ ਦੋ ਸਾਲਾ ਮਾਸੂਮ ਬੱਚੇ ਦੇ ਕਤਲ ਦੀ ਗੁੱਥੀ, ਪੜੌਸੀ ਮਹਿਲਾ ਨੇ ਕੀਤਾ ਸੀ ਗਲਾ ਘੁੱਟ ਕੇ ਕਤਲ
ਸੀ. ਸੀ. ਟੀ. ਵੀ. ਫੁਟੇਜ ਅਤੇ ਤਕਨੀਕੀ ਤੇ ਵਿਗਿਆਨਕ ਸਬੂਤਾਂ ਦੀ ਮਦਦ ਨਾਲ ਸੁਲਝਿਆ ਮਾਮਲਾ, ਮਹਿਲਾ ਗ੍ਰਿਫ਼ਤਾਰ
ਐਸ ਏ ਐਸ ਨਗਰ, 19 ਨਵੰਬਰ (ਸ.ਬ.) ਮੁਹਾਲੀ ਪੁਲੀਸ ਨੇ ਲਾਲੜੂ ਥਾਣਾ ਖੇਤਰ ਦੇ ਪਿੰਡ ਬੱਲੋਪੁਰ ਵਿਖੇ ਦੋ ਸਾਲਾ ਮਾਸੂਮ ਬੱਚੇ ਦੇ ਕਤਲ ਦੇ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਕਰਦਿਆਂ ਇੱਕ ਮਹਿਲਾ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਅੱਜ ਇੱਥੇ ਇੱਕ ਪਤਰਕਾਰ ਸੰਮੇਲਨ ਦੌਰਾਨ ਜਾਣਕਾਰੀ ਦਿੰਦਿਆਂ ਐਸ ਪੀ (ਦਿਹਾਤੀ) ਐਸ. ਏ. ਐਸ. ਨਗਰ, ਜਸਪਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਬੀਤੀ 15 ਨਵੰਬਰ ਨੂੰ ਪਿੰਡ ਬੱਲੋਪੁਰ ਦੇ ਵਸਨੀਕ ਗੁਰਵਿੰਦਰ ਸਿੰਘ ਦੇ ਦੋ ਸਾਲ ਦੇ ਪੁੱਤਰ ਗੁਰਸਾਂਝ ਸਿੰਘ ਦੀ ਲਾਸ਼ ਗੁਆਂਢੀ ਰਾਜਬੀਰ ਸਿੰਘ ਦੇ ਘਰ ਦੀ ਛੱਤ ਤੋਂ ਬਰਾਮਦ ਹੋਈ ਸੀ। ਮੁੱਢਲੀ ਜਾਂਚ ਵਿੱਚ ਬੱਚੇ ਦਾ ਗਲਾ ਘੁੱਟ ਕੇ ਕਤਲ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਸੀ।
ਉਹਨਾਂ ਦੱਸਿਆ ਕਿ ਇਸ ਸੰਬੰਧੀ ਗੁਰਵਿੰਦਰ ਸਿੰਘ ਨੇ ਪੁਲੀਸ ਨੂੰ ਸੂਚਨਾ ਦਿੱਤੀ ਸੀ ਕਿ ਉਸ ਦਾ ਪੁੱਤਰ ਗੁਰਸਾਂਝ ਸਿੰਘ 14 ਨਵੰਬਰ ਨੂੰ ਦੁਪਹਿਰ ਕਰੀਬ 1:30 ਵਜੇ ਘਰ ਦੇ ਬਾਹਰ ਖੇਡਦਿਆਂ ਲਾਪਤਾ ਹੋ ਗਿਆ ਸੀ ਅਤੇ ਬੱਚੇ ਦੀ ਭਾਲ ਦੌਰਾਨ 15 ਨਵੰਬਰ ਦੀ ਸਵੇਰ ਨੂੰ ਉਸ ਦੀ ਲਾਸ਼ ਗੁਆਂਢੀ ਰਾਜਬੀਰ ਸਿੰਘ ਦੇ ਘਰ ਦੀ ਛੱਤ ਤੋਂ ਬਰਾਮਦ ਹੋਈ ਸੀ।
ਉਹਨਾਂ ਦੱਸਿਆ ਕਿ ਇਸ ਘਟਨਾ ਸਬੰਧੀ ਥਾਣਾ ਲਾਲੜੂ ਵਿਖੇ 15 ਨਵੰਬਰ ਨੂੰ ਬੀ ਐਨ ਐਸ ਦੀ ਧਾਰਾ 140(1), 103(1) ਬੀ.ਐਨ.ਐਸ. ਤਹਿਤ ਦਰਜ ਕੀਤਾ ਗਿਆ ਸੀ। ਮਾਮਲੇ ਦੀ ਜਾਂਚ ਅਤੇ ਮੁਲਜ਼ਮ ਦੀ ਪਛਾਣ ਲਈ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀਆਂ ਹਦਾਇਤਾਂ ਤੇ ਐਸ ਪੀ ਦਿਹਾਤੀ ਸ੍ਰੀ ਜਸਪਿੰਦਰ ਸਿੰਘ ਗਿੱਲ ਅਤੇ ਡੀ ਐਸ ਪੀ ਵਰਿੰਦਰ ਸਿੰਘ ਖੋਸਾ ਦੀ ਨਿਗਰਾਨੀ ਹੇਠ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਪਰਦੀਪ ਸਿੰਘ ਬਾਜਵਾ, ਸਪੈਸ਼ਲ ਸੈਲ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਅਤੇ ਮੁੱਖ ਅਫ਼ਸਰ ਥਾਣਾ ਲਾਲੜੂ ਇੰਸਪੈਕਟਰ ਆਕਾਸ਼ ਸ਼ਰਮਾ ਦੀ ਅਗਵਾਈ ਹੇਠ ਵੱਖ-ਵੱਖ ਪੁਲੀਸ ਟੀਮਾਂ ਦਾ ਗਠਨ ਕੀਤਾ ਗਿਆ।
ਉਹਨਾਂ ਦੱਸਿਆ ਕਿ ਪੁਲੀਸ ਟੀਮਾਂ ਵੱਲੋਂ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਡੂੰਘਾਈ ਨਾਲ ਜਾਂਚ ਕੀਤੀ ਗਈ ਜਿਸ ਦੌਰਾਨ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਪੜਤਾਲੇ ਜਾਣ ਤੋਂ ਇਲਾਵਾ ਹੋਰ ਤਕਨੀਕੀ ਅਤੇ ਵਿਗਿਆਨਕ ਸਬੂਤ ਵੀ ਇਕੱਠੇ ਕੀਤੇ ਗਏ। ਇਨ੍ਹਾਂ ਯਤਨਾਂ ਸਦਕਾ ਪੁਲੀਸ ਨੇ ਅੱਜ ਸੋਨਿਕਾ ਵਾਸੀ ਪਿੰਡ ਬੱਲੋਪੁਰ, ਥਾਣਾ ਲਾਲੜੂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਉਹਨਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਬੱਚੇ ਨੂੰ ਅਗਵਾ ਕਰਕੇ ਉਸ ਦਾ ਕਤਲ ਕਰਨ ਅਤੇ ਬਾਅਦ ਵਿੱਚ ਲਾਸ਼ ਘਰ ਦੀ ਛੱਤ ਉੱਪਰ ਰੱਖਣ ਦੀ ਗੱਲ ਕਬੂਲ ਕੀਤੀ ਹੈ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਦਾ ਕੁਝ ਦਿਨ ਪਹਿਲਾਂ ਗਰਭਪਾਤ ਹੋਇਆ ਸੀ, ਜਿਸ ਤੋਂ ਬਾਅਦ ਉਹ ਮਾਨਸਿਕ ਤਣਾਅ ਵਿੱਚ ਸੀ। ਪੁਲੀਸ ਮੁਤਾਬਕ ਇਸੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਉਸ ਨੇ ਗੁੱਸੇ ਵਿੱਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ।
ਉਹਨਾਂ ਦੱਸਿਆ ਕਿ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਵਾਰਦਾਤ ਵਿੱਚ ਵਰਤੇ ਗਏ ਦੱਸੇ ਜਾ ਰਹੇ ਇੱਕ ਕੰਬਲ ਅਤੇ ਇੱਕ ਚਾਦਰ ਦੀ ਬਰਾਮਦਗੀ ਕੀਤੀ ਗਈ ਹੈ। ਪੁਲੀਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab
ਪਟਿਆਲਾ-ਬਠਿੰਡਾ ਕੌਮੀ ਮਾਰਗ ਤੇ ਡਿੱਗਿਆ ਭਾਖੜਾ ਨਹਿਰ ਦਾ ਪੁਲ
ਮਲਬੇ ਵਿੱਚ ਫਸੇ ਦੋ ਟਰੱਕ, ਇੱਕ ਨੂੰ ਲੱਗੀ ਅੱਗ
ਪਟਿਆਲਾ, 19 ਨਵੰਬਰ (ਸ.ਬ.) ਪਟਿਆਲਾ-ਸੰਗਰੂਰ-ਬਠਿੰਡਾ ਕੌਮੀ ਮਾਰਗ ਤੇ ਭਾਖੜਾ ਨਹਿਰ ਉੱਪਰ ਬਣਿਆ ਇੱਕ ਬੇਲੀ ਪੁਲ ਅੱਜ ਸਵੇਰੇ ਅਚਾਨਕ ਡਿੱਗ ਗਿਆ। ਇਸ ਦੌਰਾਨ ਦੋ ਟਰੱਕ ਹੇਠਾਂ ਡਿੱਗ ਕੇ ਪੁਲ ਦੇ ਮਲਬੇ ਵਿੱਚ ਲਟਕ ਗਏ। ਇਨ੍ਹਾਂ ਵਿੱਚੋਂ ਇੱਕ ਟਰੱਕ ਨੂੰ ਅੱਗ ਵੀ ਲੱਗ ਗਈ। ਹਾਲਾਂਕਿ, ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ, ਪਰ ਟਰੱਕਾਂ ਦੇ ਡਰਾਈਵਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਤੜਕਸਾਰ ਪਿੰਡ ਪਸਿਆਣਾ ਨੇੜੇ ਵਾਪਰੀ ਜਦੋਂ ਰੇਤ ਨਾਲ ਭਰੇ ਟਰੱਕ ਪੁਲ ਤੋਂ ਲੰਘ ਰਹੇ ਸਨ। ਅੱਜ ਸਵੇਰੇ ਕਰੀਬ ਛੇ ਵਜੇ ਜਦੋਂ ਇਸ ਪੁਲ ਤੋਂ ਤਿੰਨ ਗੱਡੀਆਂ ਲੰਘ ਰਹੀਆਂ ਸਨ ਤਾਂ ਜਦੋਂ ਇਕ ਗੱਡੀ ਦਾ ਅੱਧਾ ਹਿੱਸਾ ਅਜੇ ਪੁਲ ਤੇ ਹੀ ਸੀ ਤਾਂ ਪੁੱਲ ਡਿੱਗ ਕੇ ਟੁੱਟ ਗਿਆ ਪਰੰਤੂ ਉਸ ਟਰੱਕ ਡਰਾਈਵਰ ਨੇ ਭਜਾ ਕੇ ਆਪਣੀ ਗੱਡੀ ਕੱਢ ਦਿੱਤੀ। ਪਰੰਤੂ ਜਿਹੜੀਆਂ ਦੋ ਗੱਡੀਆਂ ਪੁਲ ਦੇ ਉੱਪਰ ਸਨ ਉਹ ਪੁਲ ਦੇ ਨਾਲ ਹੀ ਹੇਠਾਂ ਡਿੱਗ ਗਈਆਂ।
ਪੁਲ ਡਿੱਗਣ ਤੋਂ ਬਾਅਦ, ਦੋਵੇਂ ਟਰੱਕ ਟੁੱਟੇ ਹੋਏ ਢਾਂਚੇ ਵਿੱਚ ਫਸ ਗਏ ਅਤੇ ਨਹਿਰ ਦੇ ਉੱਪਰ ਲਟਕਦੇ ਰਹੇ, ਜਦਕਿ ਭਾਖੜਾ ਨਹਿਰ ਦਾ ਪਾਣੀ ਡਿੱਗੇ ਹੋਏ ਪੁਲ ਦੇ ਉੱਪਰੋਂ ਵਹਿ ਰਿਹਾ ਸੀ। ਇੱਕ ਟਰੱਕ ਨੂੰ ਲੱਗੀ ਅੱਗ ਤੇ ਕਾਬੂ ਪਾਉਣ ਲਈ ਮੌਕੇ ਤੇ ਫਾਇਰ ਬ੍ਰਿਗੇਡ ਦੀ ਗੱਡੀ ਬੁਲਾਈ ਗਈ। ਜ਼ਿਲ੍ਹਾ ਪ੍ਰਸ਼ਾਸਨ ਦੀਆਂ ਬਚਾਅ ਟੀਮਾਂ, ਪੁਲੀਸ ਅਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਸਮੇਤ ਸਥਿਤੀ ਨੂੰ ਸੰਭਾਲਣ ਅਤੇ ਰਾਹਤ ਤੇ ਬਚਾਅ ਕਾਰਜ ਚਲਾਉਣ ਲਈ ਮੌਕੇ ਤੇ ਪਹੁੰਚ ਗਈਆਂ।
ਆਲੇ ਦੁਆਲੇ ਲੋਹੇ ਦਾ ਜੰਗਲਾ ਹੋਣ ਕਾਰਨ ਪੁਲ ਪਾਣੀ ਵਿੱਚ ਤਾਂ ਨਹੀਂ ਰੁੜਿਆ ਪ੍ਰੰਤੂ ਇੱਕ ਟਰੱਕ ਨੂੰ ਅੱਗ ਲੱਗ ਗਈ ਅਤੇ ਉਹ ਨਸ਼ਟ ਹੋ ਗਿਆ। ਇਸ ਦੌਰਾਨ ਇੱਕ ਡਰਾਈਵਰ ਨੂੰ ਗੰਭੀਰ ਸੱਟਾਂ ਲੱਗੀਆਂ ਜਿਸ ਨੂੰ ਪੁਲੀਸ ਨੇ ਹਸਪਤਾਲ ਦਾਖਲ ਕਰਾਇਆ ਹੈ ਹਾਲਾਂਕਿ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਹੋਣੋ ਬਚਾਅ ਰਿਹਾ। ਇੱਕ ਟਰੱਕ ਦੇ ਜਖਮੀ ਹੋਏ ਡਰਾਈਵਰ ਦੀ ਪਛਾਣ ਗੁਰਜੰਟ ਸਿੰਘ ਵਾਸੀ ਪਿੰਡ ਭਾਈ ਰੂਪਾ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਉਸ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਭੇਜਿਆ ਗਿਆ ਹੈ।
ਪ੍ਰਭਾਵਿਤ ਹਾਈਵੇਅ ਤੇ ਆਵਾਜਾਈ ਰੋਕ ਦਿੱਤੀ ਗਈ ਹੈ ਅਤੇ ਦੂਜੇ ਪਾਸੇ ਮੋੜ (ਡਾਇਵਰਟ) ਦਿੱਤੀ ਗਈ ਹੈ। ਜਿਕਰਯੋਗ ਹੈ ਕਿ ਇਹ ਕੌਮੀ ਮਾਰਗ 2016 ਵਿੱਚ ਮੁਕੰਮਲ ਹੋਇਆ ਸੀ ਅਤੇ ਇਹ ਪੁਲ ਵੀ ਉਸੇ ਸਮੇਂ ਬਣਾਇਆ ਗਿਆ ਸੀ।
ਮੁੱਢਲੀ ਜਾਂਚ ਤੋਂ ਪਤਾ ਲੱਗਦਾ ਹੈ ਕਿ ਪੁਲ ਜ਼ਿਆਦਾ ਭਾਰ ਕਾਰਨ ਡਿੱਗਿਆ ਹੈ-ਜੋ ਸ਼ਾਇਦ ਪੁਲ ਤੋਂ ਲੰਘਣ ਦੀ ਨਿਰਧਾਰਤ ਸੀਮਾ ਤੋਂ ਵੱਧ ਸੀ। ਪਰ, ਅਸਲ ਕਾਰਨਾਂ ਦਾ ਪਤਾ ਤਕਨੀਕੀ ਮਾਹਿਰਾਂ ਵੱਲੋਂ ਲਗਾਇਆ ਜਾਵੇਗਾ।
Mohali
ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਅਤੇ ਲੰਬਿਤ ਮਾਮਲਿਆਂ ਦੀ ਸਮੀਖਿਆ
ਸਵਾਮਿਤਵਾ ਯੋਜਨਾ, ਇੰਤਕਾਲਾਂ, ਜਮ੍ਹਾਂਬੰਦੀਆਂ, ਕਿਸਾਨ ਰਜਿਸਟਰੀ ਅਤੇ ਬਕਾਇਆ ਵਸੂਲੀਆਂ ਸਮੇਤ ਵੱਖ-ਵੱਖ ਮੁੱਦਿਆਂ ਦਾ ਲਿਆ ਜਾਇਜ਼ਾ
ਐਸ ਏ ਐਸ ਨਗਰ, 19 ਨਵੰਬਰ (ਸ.ਬ.) ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਆਦਿੱਤਿਆ ਡਚਲਵਾਲ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਬੰਧਤ ਕੰਮਾਂ ਦੀ ਸਮੀਖਿਆ ਕੀਤੀ ਗਈ। ਇਸ ਸੰਬੰਧੀ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਆਯੋਜਿਤ ਮੀਟਿੰਗ ਦੌਰਾਨ ਮਾਲ ਵਿਭਾਗ, ਡਿਪਟੀ ਕਮਿਸ਼ਨਰ ਦਫ਼ਤਰ ਦੀਆਂ ਵੱਖ-ਵੱਖ ਸ਼ਾਖਾਵਾਂ ਅਤੇ ਹੋਰ ਸਬੰਧਤ ਵਿਭਾਗਾਂ ਨਾਲ ਜੁੜੇ ਅਹਿਮ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸਵਾਮਿਤਵਾ ਯੋਜਨਾ, ਲੰਬਿਤ ਇੰਤਕਾਲਾਂ, ਜਮ੍ਹਾਂਬੰਦੀਆਂ ਦੇ ਲੰਬਿਤ ਮਾਮਲਿਆਂ, ਕਿਸਾਨ ਰਜਿਸਟਰੀ ਦੀ ਪ੍ਰਵਾਨਗੀ, ਬਕਾਇਆ ਵਸੂਲੀਆਂ, ਅਦਾਲਤੀ ਮਾਮਲਿਆਂ ਅਤੇ ਜਨਗਣਨਾ ਨਾਲ ਸਬੰਧਤ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਦੌਰਾਨ ਡਿਪਟੀ ਕਪਿਮਸ਼ਨਰ ਵਲੋਂ ਸਵਾਮਿਤਵਾ ਯੋਜਨਾ ਬਾਰੇ ਸਬੰਧਤ ਅਧਿਕਾਰੀਆਂ ਨੂੰ ਇਸ ਯੋਜਨਾ ਤਹਿਤ ਕੀਤੇ ਜਾ ਰਹੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਬਾਕੀ ਰਹਿੰਦੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਜਲਦ ਮਿੱਥੇ ਸਮੇਂ ਦੌਰਾਨ ਪੂਰਾ ਕਰਨ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮਕਸਦ ਪਿੰਡਾਂ ਦੇ ਵਸਨੀਕਾਂ ਨੂੰ ਉਨ੍ਹਾਂ ਦੀਆਂ ਰਿਹਾਇਸ਼ੀ ਜਾਇਦਾਦਾਂ ਸਬੰਧੀ ਮਾਲਕੀ ਦੇ ਅਧਿਕਾਰਾਂ ਬਾਰੇ ਦਸਤਾਵੇਜ਼ ਮੁਹੱਈਆ ਕਰਵਾਉਣਾ ਹੈ।
ਮੀਟਿੰਗ ਦੌਰਾਨ ਲੰਬਿਤ ਇੰਤਕਾਲਾਂ ਅਤੇ ਜਮ੍ਹਾਂਬੰਦੀਆਂ ਦੇ ਮਾਮਲਿਆਂ ਦੀ ਵੀ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਸਬੰਧਤ ਮਾਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਮੀਨੀ ਰਿਕਾਰਡ ਨਾਲ ਸਬੰਧਤ ਮਾਮਲਿਆਂ ਨੂੰ ਬੇਲੋੜਾ ਲੰਬਿਤ ਨਾ ਰੱਖਿਆ ਜਾਵੇ ਅਤੇ ਨਿਯਮਾਂ ਅਨੁਸਾਰ ਇਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਲੋਕਾਂ ਦੇ ਰੋਜ਼ਾਨਾ ਜੀਵਨ ਨਾਲ ਸਿੱਧੇ ਤੌਰ ਤੇ ਜੁੜੀਆਂ ਹੋਈਆਂ ਹਨ, ਇਸ ਲਈ ਇਨ੍ਹਾਂ ਦੇ ਨਿਪਟਾਰੇ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕਿਸਾਨ ਰਜਿਸਟਰੀ ਨਾਲ ਜੁੜੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਸਮੇਂ ਸਿਰ ਪੂਰੀ ਕਰਨ ਲਈ ਕਿਹਾ ਗਿਆ, ਤਾਂ ਜੋ ਕਿਸਾਨਾਂ ਨੂੰ ਸਰਕਾਰੀ ਸੇਵਾਵਾਂ ਅਤੇ ਯੋਜਨਾਵਾਂ ਦਾ ਲਾਭ ਲੈਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਸ ਮੌਕੇ ਬਕਾਇਆ ਵਸੂਲੀਆਂ ਅਤੇ ਅਦਾਲਤਾਂ ਵਿੱਚ ਚੱਲ ਰਹੇ ਮਾਮਲਿਆਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਮਾਮਲਿਆਂ ਦੀ ਨਿਯਮਤ ਨਿਗਰਾਨੀ ਕਰਨ ਅਤੇ ਲੋੜੀਂਦੀ ਕਾਰਵਾਈ ਨੂੰ ਸਮਾਂਬੱਧ ਢੰਗ ਨਾਲ ਅੱਗੇ ਵਧਾਉਣ ਅਤੇ ਲੰਬਿਤ ਵਸੂਲੀਆਂ ਦਾ ਕੰਮ ਜਲਦ ਪੂਰਾ ਕਰਨ ਲਈ ਕਿਹਾ।
ਮੀਟਿੰਗ ਦੌਰਾਨ ਜਨਗਣਨਾ ਸਬੰਧੀ ਤਿਆਰੀਆਂ ਅਤੇ ਕੰਮਾਂ ਦੀ ਪ੍ਰਗਤੀ ਬਾਰੇ ਵੀ ਵਿਚਾਰ ਕੀਤਾ ਗਿਆ। ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਜਨਗਣਨਾ ਨਾਲ ਜੁੜੇ ਕੰਮਾਂ ਵਿੱਚ ਆਪਸੀ ਤਾਲਮੇਲ ਬਣਾਈ ਰੱਖਣ ਅਤੇ ਨਿਰਧਾਰਤ ਹਦਾਇਤਾਂ ਅਨੁਸਾਰ ਲੋੜੀਂਦੀ ਕਾਰਵਾਈ ਯਕੀਨੀ ਬਣਾਉਣ ਲਈ ਕਿਹਾ ਅਤੇ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਕਿ ਸਵੈ-ਗਣਨਾ ਦਾ ਕੰਮ 16 ਨਵੰਬਰ ਤੋਂ 30 ਨਵੰਬਰ 2026 ਤੱਕ ਕੀਤਾ ਜਾਵੇਗਾ। ਇਸ ਦੌਰਾਨ ਨਾਗਰਿਕ ਨਿਰਧਾਰਤ ਆਨਲਾਈਨ ਪੋਰਟਲ ਰਾਹੀਂ ਆਪਣੇ ਘਰ ਅਤੇ ਪਰਿਵਾਰ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਖੁਦ ਦਰਜ ਕਰ ਕਰਨ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਗੀਤਿਕਾ ਸਿੰਘ, ਐਸ.ਡੀ.ਐਮ. ਡੇਰਾਬੱਸੀ, ਅਮਿਤ ਗੁਪਤਾ, ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ, ਉਪ ਅਰਥ ਅਤੇ ਅੰਕੜਾ ਸਲਾਹਕਾਰ, ਕਾਰਜਕਾਰੀ ਅਧਿਕਾਰੀਆਂ ਤੋ ਇਲਾਵਾ ਵੱਖ-ਵੱਖ ਵਿਭਾਗਾਂ ਦੇ ਹੋਰ ਅਧਿਕਾਰੀ ਹਾਜ਼ਰ ਸਨ।
-
International2 months agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International4 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International1 month agoਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਮਿਲਟਰੀ ਬੇਸ ਤੇ ਅੱਗ ਲੱਗਣ ਕਾਰਨ 4 ਫ਼ੌਜੀ ਜਵਾਨ ਸ਼ਹੀਦ, 39 ਜ਼ਖਮੀ
-
International1 month agoਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ
-
Chandigarh1 month ago
ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਹੋਈ ਪਹਿਲੀ ਗ੍ਰਿਫਤਾਰੀ
