Connect with us

Mohali

ਵੱਖ ਵੱਖ ਸ਼ਹਿਰਾਂ ਵਿੱਚ ਚਲਦੇ ਆਟੋ ਰਿਕਸ਼ਿਆਂ ਦਾ ਕਿਰਾਇਆ ਨਿਰਧਾਰਿਤ ਕਰਨ ਦੀ ਮੰਗ

Published

on

ਐਸ ਏ ਐਸ ਨਗਰ, 16 ਜੂਨ (ਸ.ਬ.) ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਭਾਵੇਂ ਲੋਕਲ ਬੱਸਾਂ ਵੀ ਚੱਲ ਰਹੀਆਂ ਹਨ ਪਰ ਫਿਰ ਵੀ ਸ਼ਹਿਰਾਂ ਵਿੱਚ ਇੱਕ ਸਥਾਨ ਤੋਂ ਦੂਜੇ ਸਥਾਨ ਜਾਣ ਲਈ ਵੱਡੀ ਗਿਣਤੀ ਲੋਕ ਆਟੋ ਰਿਕਸ਼ਿਆਂ ਤੇ ਨਿਰਭਰ ਕਰਦੇ ਹਨ। ਮੁਹਾਲੀ ਸਮੇਤ ਕਈ ਸ਼ਹਿਰਾਂ ਵਿੱਚ ਸਿਟੀ ਬੱਸ ਸਰਵਿਸ ਦੀ ਸਹੂਲਤ ਨਾ ਹੋਣ ਕਾਰਨ ਇਹਨਾਂ ਸ਼ਹਿਰਾਂ ਦੇ ਵਸਨੀਕ ਅਤੇ ਦੂਜੇ ਇਲਾਕਿਆਂ ਤੋਂ ਇਹਨਾਂ ਸ਼ਹਿਰਾਂ ਵਿੱਚ ਕੰਮ ਧੰਦੇ ਆਏ ਲੋਕ ਆਟੋ ਰਿਕਸ਼ਿਆਂ ਤੇ ਸਫਰ ਕਰਨ ਲਈ ਮਜਬੂਰ ਹੁੰਦੇ ਹਨ।

ਵੇਖਣ ਵਿੱਚ ਆਇਆ ਹੈ ਕਿ ਵੱਖ ਵੱਖ ਸ਼ਹਿਰਾਂ ਵਿੱਚ ਆਟੋ ਚਾਲਕ ਲੋਕਾਂ ਤੋਂ ਮਨ ਮਰਜੀ ਦਾ ਕਿਰਾਇਆ ਵਸੂਲਦੇ ਹਨ। ਇਸ ਤਰੀਕੇ ਨਾਲ ਉਹ ਲੋਕਾਂ ਦੀ ਇੱਕ ਤਰ੍ਹਾਂ ਆਰਥਿਕ ਲੁੱਟ ਕਰਦੇ ਹਨ। ਮੁਹਾਲੀ ਸ਼ਹਿਰ ਵਿੱਚ ਹਾਲ ਇਹ ਹੈ ਕਿ ਇੱਥੇ ਫੇਜ਼ 8 ਵਿੱਚ ਪੁਰਾਣੇ ਬੱਸ ਅੱਡੇ ਦੇ ਸਾਹਮਣੇ ਸੜਕ ਤੇ ਆਉਂਦੀਆਂ ਬੱਸਾਂ ਵਿਚੋਂ ਦੂਜੇ ਸ਼ਹਿਰਾਂ ਵਿਚੋਂ ਆਏ ਲੋਕ ਉਤਰਦੇ ਹਨ ਤਾਂ ਆਟੋ ਰਿਕਸ਼ਾ ਵਾਲੇ ਤੁੰਰਤ ਇਹਨਾਂ ਦੇ ਆਲੇ ਦੁਆਲੇ ਹੋ ਜਾਂਦੇ ਹਨ। ਵੱਡੀ ਗਿਣਤੀ ਲੋਕ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁਹਾਲੀ ਸਥਿਤ ਦਫਤਰ ਵਿੱਚ ਆਪਣੇ ਬੱਚਿਆਂ ਦੇ ਕਿਸੇ ਕੰਮ ਲਈ ਆਏ ਹੁੰਦੇ ਹਨ। ਸਿਖਿਆ ਬੋਰਡ ਦਾ ਇਹ ਦਫਤਰ ਫੇਜ਼ 8 ਵਿੱਚ ਹੀ ਪੁਰਾਣੇ ਬੱਸ ਅੱਡੇ ਦੇ ਬਿਲਕੁਲ ਸਾਹਮਣੇ ਕੁਝ ਦੂਰੀ ਤੇ ਸਥਿਤੀ ਹੈ। ਪਰ ਆਟੋ ਚਾਲਕ ਕਿਸੇ ਵੀ ਵਿਅਕਤੀ ਨੂੰ ਇਹ ਨਹੀਂ ਦਸਦੇ ਕਿ ਦਫਤਰ ਸਾਹਮਣੇ ਹੈ। ਬਲਕਿ ਸਿਖਿਆ ਬੋਰਡ ਜਾਣ ਲਈ ਲੋਕਾਂ ਤੋਂ 50 ਰੁਪਏ ਸਵਾਰੀ ਜਾਂ ਸਪੈਸ਼ਲ ਕਿਰਾਇਆ ਜੋ ਕਿ ਅਕਸਰ 100 ਰੁਪਏ ਹੁੰਦਾ ਹੈ, ਲੈਂਦੇ ਹਨ। ਇਸ ਦੇ ਨਾਲ ਹੀ ਇਹ ਆਟੋ ਚਾਲਕ ਬਾਹਰੋਂ ਆਏ ਲੋਕਾਂ ਨੂੰ ਸਿੱਧਾ ਸਿਖਿਆ ਦਫਤਰ ਲੈ ਕੇ ਜਾਣ ਦੀ ਥਾਂ ਬੱਸ ਅੱਡੇ ਉਪਰੋਂ ਘੁਮਾ ਕੇ ਲੈ ਕੇ ਜਾਂਦੇ ਹਨ।

ਸ਼ਹਿਰ ਵਿੱਚ ਆਟੋ ਰਿਕਸ਼ਿਆਂ ਦਾ ਕਿਰਾਇਆ ਨਿਰਧਾਰਿਤ ਨਾ ਹੋਣ ਕਾਰਨ ਆਟੋ ਰਿਕਸ਼ਾ ਚਾਲਕ ਸਫਰ ਕਰਨ ਵਾਲੇ ਲੋਕਾਂ ਤੋਂ ਬਹੁਤ ਜਿਆਦਾ ਕਿਰਾਇਆ ਵਸੂਲਦੇ ਹਨ। ਫੇਜ਼ 11 ਤੋਂ ਫੇਜ਼ 7 ਤਕ ਆਉਣ ਦਾ ਕਿਰਾਇਆ 20 ਰੁਪਏ ਪ੍ਰਤੀ ਸਵਾਰੀ ਬਣਦਾ ਹੈ ਪਰ ਅਕਸਰ ਆਟੋ ਰਿਕਸ਼ਿਆਂ ਵਾਲਿਆਂ ਵੱਲੋਂ 30 ਰੁਪਏ ਪ੍ਰਤੀ ਸਵਾਰੀ ਲਿਆ ਜਾਂਦਾ ਹੈ। ਕਈ ਵਾਰ ਤਾਂ ਆਮ ਲੋਕਾਂ ਨੂੰ ਆਟੋ ਚਾਲਕ 20 ਰੁਪਏ ਪ੍ਰਤੀ ਸਵਾਰੀ ਬੈਠਾਉਣ ਦੀ ਥਾਂ ਸਪੈਸ਼ਲ ਕਿਰਾਇਆ ਮੰਗਦੇ ਹਨ। ਸ਼ਹਿਰ ਦੇ ਹੋਰਨਾ ਇਲਾਕਿਆਂ ਵਿੱਚ ਵੀ ਆਟੋ ਚਾਲਕ ਮਨਮਰਜੀ ਦਾ ਬਹੁਤ ਜਿਆਦਾ ਕਿਰਾਇਆ ਆਮ ਲੋਕਾਂ ਤੋਂ ਵਸੂਲਦੇ ਹਨ। ਕਈ ਵਾਰ ਫੇਜ਼ 11 ਅਤੇ ਹੋਰ ਇਲਾਕਿਆਂ ਤੋਂ ਫੇਜ਼ 8 ਦੇ ਪੁਰਾਣੇ ਬੱਸ ਅੱਡੇ ਜਾਣ ਲਈ ਆਟੋ ਲੈਂਦੇ ਹਨ ਤਾਂ ਕਈ ਆਟੋ ਚਾਲਕ ਲੋਕਾਂ ਨੂੰ ਫੇਜ਼ 8 ਦੇ ਬੱਸ ਅੱਡੇ ਉਤਾਰਨ ਦੀ ਥਾਂ ਮੁੱਖ ਸੜਕ ਜਾਂ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਉਤਾਰ ਦਿੰਦੇ ਹਨ ਅਤੇ ਕਿਰਾਇਆ ਮੰਗਦੇ ਹਨ, ਜਦੋਂ ਸਬੰਧਿਤ ਵਿਅਕਤੀ ਆਟੋ ਚਾਲਕਾਂ ਨੂੰ ਪੁਰਾਣੇ ਬੱਸ ਅੱਡੇ ਛੱਡ ਕੇ ਆਉਣ ਲਈ ਕਹਿੰਦਾ ਹੈ ਤਾਂ ਇਹ ਆਟੋ ਚਾਲਕ ਉਸ ਵਿਅਕਤੀ ਨਾਲ ਲੜਾਈ ਝਗੜਾ ਕਰਨਾ ਆਰੰਭ ਕਰ ਦਿੰਦੇ ਹਨ। ਲੜਾਈ ਝਗੜੇ ਤੋਂ ਡਰਦੇ ਲੋਕ ਮੁੱਖ ਸੜਕ ਤੇ ਉਤਰ ਕੇ ਪੈਦਲ ਪੁਰਾਣੇ ਬੱਸ ਅੱਡੇ ਜਾਂਦੇ ਹਨ।

ਪਟਿਆਲਾ ਬਰਨਾਲਾ ਸੰਗਰੂਰ ਲੁਧਿਆਣਾ, ਜਲੰਧਰ ਅਤੇ ਹੋਰ ਸ਼ਹਿਰਾਂ ਵਿੱਚ ਵੀ ਆਟੋ ਰਿਕਸ਼ਿਆਂ ਦਾ ਕਿਰਾਇਆ ਨਿਰਧਾਰਿਤ ਨਾ ਹੋਣ ਕਾਰਨ ਆਟੋ ਚਾਲਕ ਆਪਣੀ ਮਨ ਮਰਜੀ ਦਾ ਕਿਰਾਇਆ ਵਸੂਲਦੇ ਹਨ। ਪਟਿਆਲਾ ਸ਼ਹਿਰ ਵਿੱਚ ਪੰਜਾਬੀ ਯੂਨੀਵਰਸਿਟੀ ਤੋਂ ਨਵੇਂ ਬੱਸ ਅੱਡੇ ਦਾ ਕਿਰਾਇਆ 20 ਰੁਪਏ ਪ੍ਰਤੀ ਸਵਾਰੀ ਬਣਦਾ ਹੈ ਪਰ ਅਕਸਰ ਆਟੋ ਚਾਲਕ 30 ਰੁਪਏ ਪ੍ਰਤੀ ਸਵਾਰੀ ਲੈਂਦੇ ਹਨ। ਇਸ ਤੋਂ ਇਲਾਵਾ ਸਵੇਰੇ ਦਿਨ ਚੜਨ ਤੋਂ ਪਹਿਲਾਂ ਅਤੇ ਸ਼ਾਮ ਨੂੰ ਹਨੇਰ ਹੋਣ ਤੋਂ ਬਾਅਦ ਆਟੋ ਰਿਕਸ਼ਿਆਂ ਦੇ ਚਾਲਕ ਆਪਣੇ ਆਟੋ ਦਾ ਕਿਰਾਇਆ ਕਰੀਬ ਦੁੱਗਣਾ ਜਾਂ ਚਾਰ ਗੁਣਾ ਕਰ ਦਿੰਦੇ ਹਨ ਅਤੇ ਕੁਝ ਦੂਰੀ ਤੇ ਜਾਣ ਵਾਲੇ ਲੋਕਾਂ ਨੂੰ ਵੀ ਸਪੈਸ਼ਲ ਕਿਰਾਇਆ ਦੇਣ ਲਈ ਮਜਬੂਰ ਕਰਦੇ ਹਨ।

ਵੱਖ ਵੱਖ ਸ਼ਹਿਰਾਂ ਦੇ ਵਸਨੀਕਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਾਰੇ ਸ਼ਹਿਰਾਂ ਵਿੱਚ ਆਟੋ ਰਿਕਸ਼ਿਆਂ ਦਾ ਕਿਰਾਇਆ ਨਿਸ਼ਚਿਤ ਕੀਤਾ ਜਾਵੇ ਅਤੇ ਨਿਸ਼ਚਿਤ ਕਿਰਾਏ ਤੋਂ ਵਧੇਰੇ ਕਿਰਾਇਆ ਵਸੂਲਣ ਵਾਲੇ ਆਟੋ ਚਾਲਕਾਂ ਵਿਰੁੱਧ ਕਾਰਵਾਈ ਕੀਤੀ ਜਾਵੇ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending