Connect with us

Mohali

ਐਰੋ ਸਿਟੀ ਵਿੱਚ ਸਟ੍ਰੀਟ ਲਾਈਟਾਂ ਦੀਆਂ ਨੰਗੀਆਂ ਤਾਰਾਂ ਨਾਲ ਕਰੰਟ ਲੱਗਣ ਕਾਰਨ ਪਰਵਾਸੀ ਮਜ਼ਦੂਰ ਦੀ ਮੌਤ ਦਾ ਮਾਮਲਾ ਭਖਿਆ

Published

on

ਕੌਂਸਲਰ ਹਰਵਿੰਦਰ ਸਿੰਘ ਵਲੋਂ ਸੰਬੰਧਿਤ ਅਧਿਕਾਰੀਆਂ ਦੇ ਖਿਲਾਫ ਸਖਤ ਕਾਰਵਾਈ ਦੀ ਮੰਗ

ਐਸ ਏ ਐਸ ਨਗਰ, 19 ਜੂਨ (ਸ.ਬ.) ਮੁਹਾਲੀ ਦੇ ਐਰੋ ਸਿਟੀ ਦੇ ਸੀ-ਬਲਾਕ ਵਿੱਚ ਕਰੰਟ ਲੱਗਣ ਕਾਰਨ ਇੱਕ ਪਰਵਾਸੀ ਮਜ਼ਦੂਰ ਦੀ ਦੁੱਖਦਾਈ ਮੌਤ ਨੇ ਇਲਾਕੇ ਦੇ ਲੋਕਾਂ ਨੂੰ ਝੰਝੋੜ ਕੇ ਰੱਖ ਦਿੱਤਾ ਹੈ। ਸਥਾਨਕ ਨਿਵਾਸੀਆਂ ਦਾ ਦੋਸ਼ ਹੈ ਕਿ ਇਲਾਕੇ ਵਿੱਚ ਸਟ੍ਰੀਟ ਲਾਈਟਾਂ ਦੀਆਂ ਨੰਗੀਆਂ ਤਾਰਾਂ ਅਤੇ ਖਰਾਬ ਬਿਜਲੀ ਪ੍ਰਬੰਧ ਬਾਰੇ ਕਈ ਵਾਰ ਸ਼ਿਕਾਇਤਾਂ ਕੀਤੀਆਂ ਗਈਆਂ ਸਨ, ਪਰ ਸੰਬੰਧਿਤ ਵਿਭਾਗਾਂ ਵੱਲੋਂ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਗਈ।

ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਲੋਕ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਹੇ ਹਨ। ਵਸਨੀਕਾਂ ਦਾ ਕਹਿਣਾ ਹੈ ਕਿ ਜੇਕਰ ਹੁਣ ਵੀ ਪ੍ਰਸ਼ਾਸ਼ਨ ਵਲੋਂ ਲੋੜੀਂਦੀ ਕਾਰਵਾਈ ਨਾ ਕੀਤੀ ਗਈ ਤਾਂ ਉਹਨਾਂ ਵਲੋਂ ਸਰਕਾਰ ਦੇ ਖਿਲਾਫ ਸੰਘਰਸ਼ ਕੀਤਾ ਜਾਵੇਗਾ।

ਇਸ ਸੰਬੰਧੀ ਵਾਰਡ ਨੰਬਰ 22 ਦੇ ਮਿਉਂਸਪਲ ਕੌਂਸਲਰ ਹਰਵਿੰਦਰ ਸਿੰਘ ਨੇ ਕਿਹਾ ਕਿ ਜੇਕਰ ਵਿਭਾਗ ਵਲੋਂ ਇਨ੍ਹਾਂ ਸ਼ਿਕਾਇਤਾਂ ਵੱਲ ਸਮੇਂ ਸਿਰ ਧਿਆਨ ਦਿੱਤਾ ਜਾਂਦਾ ਤਾਂ ਇੱਕ ਬੇਕਸੂਰ ਮਜ਼ਦੂਰ ਦੀ ਜਾਨ ਬਚਾਈ ਜਾ ਸਕਦੀ ਸੀ। ਉਹਨਾਂ ਕਿਹਾ ਕਿ ਜਨਤਾ ਦੀ ਸੁਰੱਖਿਆ ਨਾਲ ਖਿਲਵਾੜ ਕਰਨ ਵਾਲੇ ਅਧਿਕਾਰੀਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਮ੍ਰਿਤਕ ਪਰਿਵਾਰ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ।

ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਅਤੇ ਸੰਬੰਧਿਤ ਵਿਭਾਗਾਂ ਵੱਲੋਂ ਜਲਦ ਕਾਰਵਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਦੇ ਸਹਿਯੋਗ ਨਾਲ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸੀਨੀਅਰ ਅਕਾਲੀ ਆਗੂ ਗੁਰਮੀਤ ਸਿੰਘ ਤੇ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਅਹੁਦੇਦਾਰ ਹਾਜਿਰ ਸਨ।

Continue Reading

Mohali

ਗਮਾਡਾ ਨੇ ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਨਾਜਾਇਜ਼ ਕਲੋਨੀ ਕੱਟਣ ਵਾਲਿਆਂ ਖਿਲਾਫ ਕੀਤੀ ਕਾਰਵਾਈ

Published

on

By

ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹੀ, ਸੀਵਰੇਜ ਦੀਆਂ ਲਾਈਨਾਂ ਪੁੱਟੀਆਂ

ਐਸ ਏ ਐਸ ਨਗਰ, 29 ਅਕਤੂਬਰ (ਪਵਨ ਰਾਵਤ) ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਕਥਿਤ ਤੌਰ ਤੇ ਨਾਜਾਇਜ਼ ਕਲੋਨੀ ਕੱਟਣ ਅਤੇ ਹਰੇ-ਭਰੇ ਦਰੱਖਤਾਂ ਦੀ ਕਟਾਈ ਦੇ ਮਾਮਲੇ ਵਿੱਚ ਗਮਾਡਾ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਮੌਕੇ ਤੇ ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹ ਦਿੱਤੀ ਗਈ ਅਤੇ ਸੀਵਰੇਜ ਦੀਆਂ ਲਾਈਨਾਂ ਪੁੱਟ ਦਿੱਤੀਆਂ ਗਈਆਂ।

ਗਮਾਡਾ ਦੀ ਰੈਗੁਲੇਟਰੀ ਬ੍ਰਾਂਚ ਦੇ ਐਸ ਡੀ ਓ ਸz. ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਕਾਰਵਾਈ ਨਾਲ ਨਾਜਾਇਜ਼ ਤੌਰ ਤੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਸਖ਼ਤ ਸੰਦੇਸ਼ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਕੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜਿਨ੍ਹਾਂ ਲੋਕਾਂ ਨੇ ਲੋੜੀਂਦੀਆਂ ਮਨਜ਼ੂਰੀਆਂ ਲਏ ਬਿਨਾਂ ਉਸਾਰੀ ਕੀਤੀ ਹੈ, ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਗਲਤਫ਼ਹਿਮੀ ਨਹੀਂ ਰੱਖਣੀ ਚਾਹੀਦੀ ਕਿ ਮਕਾਨ ਬਣ ਜਾਣ ਤੋਂ ਬਾਅਦ ਗਮਾਡਾ ਕੋਈ ਕਾਰਵਾਈ ਨਹੀਂ ਕਰ ਸਕਦਾ। ਜੇਕਰ ਕਿਸੇ ਨੇ ਬਿਨਾਂ ਮਨਜ਼ੂਰੀ ਮਕਾਨ ਬਣਾਇਆ ਹੈ, ਤਾਂ ਗਮਾਡਾ ਵੱਲੋਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

Continue Reading

Mohali

ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਰੋਸ ਧਰਨਾ

Published

on

By

ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਆਪਣੀਆਂ ਲਮਕਦੀਆਂ ਮੰਗਾਂ ਮੰਗਵਾਉਣ ਲਈ ਸz. ਲਛਮਣ ਸਿੰਘ ਗਰੇਵਾਲ ਅਤੇ ਰਾਜਵਿੰਦਰ ਸਿੰਘ ਤਰਸਿੱਕਾ ਦੀ ਅਗਵਾਈ ਵਿੱਚ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫਤਰ (ਵਿਕਾਸ ਭਵਨ ਮੁਹਾਲੀ) ਵਿਖੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਬੁਲਾਰਿਆਂ ਵੱਲੋਂ ਕਿਹਾ ਗਿਆ ਕਿ ਸਰਕਾਰ ਅਤੇ ਵਿਭਾਗ ਉਨ੍ਹਾਂ ਨਾਲ ਮਤਰੇਈ ਮਾਂ ਜਿਹਾ ਸਲੂਕ ਕਰ ਰਿਹਾ ਹੈ। ਪੇ-ਕਮਿਸ਼ਨ ਦੇ ਬਕਾਏ ਜਾਰੀ ਨਹੀਂ ਕੀਤੇ ਜਾ ਰਹੇ, ਬੁਢਾਪਾ ਭੱਤਾ ਪੂਰਾ ਨਹੀਂ ਦਿੱਤਾ ਜਾ ਰਿਹਾ, ਐਲ. ਟੀ. ਸੀ. ਦੀ ਸਹੂਲਤ ਲਾਗੂ ਨਹੀਂ ਕੀਤੀ ਜਾ ਰਹੀ, ਪੈਨਸ਼ਨ ਲਾਉਣ ਲਈ ਕੋਈ ਸਮਾਂ ਸੀਮਾਂ ਨਹੀਂ, ਪੈਨਸ਼ਨ ਸਮੇਂ ਸਿਰ ਨਹੀਂ ਦਿੱਤੀ ਜਾਂਦੀ, ਅਦਾਲਤੀ ਫੈਸਲਿਆਂ ਨੂੰ ਅਪੀਲਾਂ ਰਾਹੀਂ ਲਟਕਾਇਆ ਜਾ ਰਿਹਾ ਹੈ ਅਤੇ ਪੈਨਸ਼ਨ ਸੈਲ ਨੂੰ ਸੂਚਾਰੂ ਬਣਾਉਣ ਲਈ ਯਤਨ ਨਹੀਂ ਕੀਤੇ ਜਾਂਦੇ।

ਉਨ੍ਹਾਂ ਕਿਹਾ ਕਿ ਜੇ ਇਸ ਧਰਨੇ ਉਪਰੰਤ ਵੀ ਕਾਰਗਰ ਕਦਮ ਨਾ ਚੁੱਕੇ ਗਏ ਤਾਂ 25 ਨਵੰਬਰ ਨੂੰ ਮੁੜ ਧਰਨਾ ਲਗਾਇਆ ਜਾਵੇਗਾ। ਧਰਨੇ ਨੂੰ ਪੈਨਸ਼ਨਰ ਆਗੂਆਂ ਲਛਮਣ ਸਿੰਘ ਗਰੇਵਾਲ, ਰਾਜਵਿੰਦਰ ਸਿੰਘ ਤਰਸਿੱਕਾ, ਕੁਲਵੰਤ ਕੌਰ ਬਾਠ, ਗੁਰਮੀਤ ਸਿੰਘ ਭਾਂਖਰਪੁਰ, ਸੁਰਿੰਦਰ ਹਾਟਾ, ਸ਼ੇਰ ਮੁਹੰਮਦ, ਲਖਵਿੰਦਰ ਸਿੰਘ, ਰਾਜਵੰਤ ਸਿੰਘ, ਦਰਸ਼ਨ ਸਿੰਘ, ਮਾਨ ਸਿੰਘ, ਬਲਦੇਵ ਸਿੰਘ, ਮਹਿੰਦਰ ਸਿੰਘ ਭੰਗੂ, ਭਗਵਾਨ ਸਿੰਘ ਤੇ ਜਾਗੀਰ ਸਿੰਘ ਢਿੱਲੋਂ ਆਦਿ ਨੇ ਸੰਬੋਧਨ ਕੀਤਾ।

Continue Reading

Mohali

ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਸਕੱਤਰ ਫੂਡ ਸਪਲਾਈ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ

Published

on

By

ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਸਕੱਤਰ ਫੂਡ ਸਪਲਾਈ ਪੰਜਾਬ ਨੂੰ ਡਿਪਟੀ ਕਮਿਸ਼ਨਰ ਮੁਹਾਲੀ ਰਾਹੀਂ ਮੰਗ ਪੱਤਰ ਦੇ ਕੇ ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਨੇ ਦੱਸਿਆ ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨਾ ਵੇਚਣ ਵਿੱਚ ਮੁਸ਼ਕਲ ਪੇਸ਼ ਆ ਰਹੀ ਹੈ ਕਿਉਂਕਿ ਆੜ੍ਹਤੀਆਂ ਵੱਲੋਂ ਕਿਸਾਨਾਂ ਨੂੰ ਕਿਹਾ ਜਾ ਰਿਹਾ ਹੈ ਕਿ ਸਰਕਾਰ ਦਾ ਖਰੀਦ ਦਾ ਟੀਚਾ ਪੂਰਾ ਹੋ ਜਾਣ ਕਾਰਨ ਸਰਕਾਰ ਵੱਲੋਂ ਖਰੀਦ ਬੰਦ ਕਰ ਦਿੱਤੀ ਗਈ ਹੈ।

ਉਹਨਾਂ ਕਿਹਾ ਕਿ ਕੁਝ ਮੰਡੀਆਂ ਵਿੱਚ ਬਾਰਦਾਨਾ ਮੁਹਈਆ ਨਹੀਂ ਕਰਵਾਇਆ ਜਾ ਰਿਹਾ ਅਤੇ ਕੁਝ ਮੰਡੀਆਂ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਦੱਸ ਕੇ ਕਈ-ਕਈ ਦਿਨਾਂ ਤੋਂ ਖਰੀਦ ਨਹੀਂ ਕੀਤੀ ਜਾ ਰਹੀ। ਉਹਨਾਂ ਲਿਖਿਆ ਹੈ ਕਿ ਸੀਜਨ ਦੇ ਪਹਿਲੇ ਦਿਨ ਤੋਂ ਹੀ ਸਰਕਾਰ ਕਹਿ ਰਹੀ ਹੈ ਕਿ ਝੋਨਾ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ, ਇਸ ਕਰਕੇ ਖਰੀਦ ਬੰਦ ਨਹੀਂ ਕਰਨੀ ਚਾਹੀਦੀ।

ਉਹਨਾਂ ਲਿਖਿਆ ਹੈ ਕਿ ਖੇਤੀਬਾੜੀ ਵਿਭਾਗ ਦੇ ਸਰਵੇ ਅਨੁਸਾਰ ਝਾੜ ਵਿੱਚ ਵਾਧਾ ਹੋਇਆ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਕਿਹਾ ਜਾ ਰਿਹਾ ਹੈ ਪਿਛਲੇ ਸਾਲਾਂ ਦੇ ਸੀਜਨਾਂ ਦੇ ਝਾੜ ਮੁਤਾਬਕ ਖਰੀਦ ਕੀਤੀ ਜਾਵੇਗੀ ਜਦ ਕਿ ਇਸ ਸਾਲ ਝਾੜ ਜਿਆਦਾ ਹੈ। ਪਿਛਲੇ ਸੀਜ਼ਨ ਵਿੱਚ ਤਾਂ ਹੜ੍ਹਾਂ ਅਤੇ ਬਿਮਾਰੀਆਂ ਕਾਰਨ ਫਸਲ ਘੱਟ ਹੁੰਦੀ ਰਹੀ।

ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਨਿਰਵਿਘਨ ਖਰੀਦ ਕੀਤੀ ਜਾਵੇ ਕਿਉਂਕਿ ਜੇਕਰ ਕਿਸਾਨ ਨੂੰ ਮੰਡੀਆਂ ਵਿੱਚ ਵਾਧੂ ਟਾਈਮ ਲੱਗੇਗਾ ਤਾਂ ਕਣਕ ਦੀ ਬਿਜਾਈ ਵੀ ਲੇਟ ਹੋਵੇਗੀ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਖਾਦ ਅਤੇ ਹੋਰ ਖਾਦਾਂ ਦਾ ਪ੍ਰਬੰਧ ਕਰਨ ਲਈ ਵਾਧੂ ਪਰੇਸ਼ਾਨ ਹੋਣਾ ਪੈ ਰਿਹਾ ਹੈ। ਉਪਰੋਕਤ ਮੰਗਾਂ ਤੇ ਤੁਰੰਤ ਧਿਆਨ ਦਿੱਤਾ ਜਾਵੇ ਕਿਸੇ ਵੀ ਦਾਣਾ ਮੰਡੀ ਵਿੱਚ ਖਰੀਦ ਬੰਦ ਨਾ ਕੀਤੀ ਜਾਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਹਰ ਸਿੰਘ ਥੇੜੀ ਪ੍ਰੈਸ ਸਕੱਤਰ ਪੰਜਾਬ, ਹਕੀਕਤ ਸਿੰਘ ਘੜੂੰਆਂ ਜ਼ਿਲ੍ਹਾ ਪ੍ਰੈਸ ਸਕੱਤਰ, ਬਹਾਦਰ ਸਿੰਘ ਨਿਆਮੀਆਂ ਜ਼ਿਲ੍ਹਾ ਜਨਰਲ ਸਕੱਤਰ, ਕੁਲਦੀਪ ਸਿੰਘ ਜਲਾਲਪੁਰ ਬਲਾਕ ਡੇਰਾਬੱਸੀ, ਜਰਨੈਲ ਸਿੰਘ ਦਿਆਲਪੁਰਾ ਬਲਾਕ ਪ੍ਰਧਾਨ ਡੇਰਾਬੱਸੀ, ਬਲਵਿੰਦਰ ਸਿੰਘ ਮਲਕਪੁਰ ਡੇਰਾਬੱਸੀ, ਪ੍ਰੇਮ ਸਿੰਘ ਮੀਰਪੁਰ ਡੇਰਾਬੱਸੀ, ਤਲਵਿੰਦਰ ਸਿੰਘ ਡੇਰਾਬੱਸੀ ਹਾਜ਼ਰ ਸਨ।

Continue Reading

Latest News

Trending