Connect with us

Mohali

ਐਨ ਆਰ ਆਈ ਵਿਆਹ ਧੋਖਾਧੜੀ ਤੇ ਕਾਬੂ ਕਰਨ ਲਈ ਸਖ਼ਤ ਕਾਨੂੰਨ ਬਣਾਏ ਕੇਂਦਰ ਸਰਕਾਰ : ਬਲਜੀਤ ਕੌਰ

Published

on

ਪਿਛਲੇ ਸਾਲਾਂ ਦੌਰਾਨ ਲਗਭਗ 32 ਹਜ਼ਾਰ ਮਹਿਲਾਵਾਂ ਹੋਈਆਂ ਸ਼ਿਕਾਰ

ਐਸ ਏ ਐਸ ਨਗਰ, 22 ਜੂਨ (ਸ.ਬ.) ਪੰਜਾਬ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਬਲਜੀਤ ਕੌਰ ਨੇ ਕਿਹਾ ਹੈ ਕਿ ਰਾਸ਼ਟਰੀ ਮਹਿਲਾ ਕਮਿਸ਼ਨ ਵੱਲੋਂ ਸਾਹਮਣੇ ਲਿਆਂਦੇ ਗਏ ਅੰਕੜਿਆਂ ਅਨੁਸਾਰ ਪੰਜਾਬ ਵਿੱਚ ਪਿਛਲੇ ਸਾਲਾਂ ਦੌਰਾਨ ਲਗਭਗ 32 ਹਜ਼ਾਰ ਮਹਿਲਾਵਾਂ ਆਪਣੇ ਐਨ ਆਰ ਆਈ ਪਤੀਆਂ ਵੱਲੋਂ ਛੱਡੀਆਂ ਜਾ ਚੁੱਕੀਆਂ ਹਨ।

ਉਹਨਾਂ ਕਿਹਾ ਕਿ ਇਹ ਅੰਕੜੇ ਪੰਜਾਬ ਲਈ ਬਹੁਤ ਹੀ ਚਿੰਤਾਜਨਕ ਹਨ ਅਤੇ ਇੱਕ ਗੰਭੀਰ ਸਮਾਜਿਕ ਸੰਕਟ ਵੱਲ ਇਸ਼ਾਰਾ ਕਰਦੇ ਹਨ। ਬਲਜੀਤ ਕੌਰ ਨੇ ਕਿਹਾ ਕਿ ਇਹ ਸਿਰਫ਼ ਇੱਕ ਅੰਕੜਾ ਨਹੀਂ, ਸਗੋਂ ਹਜ਼ਾਰਾਂ ਪੰਜਾਬੀ ਧੀਆਂ ਦੇ ਟੁੱਟੇ ਹੋਏ ਸੁਪਨਿਆਂ, ਬਰਬਾਦ ਹੋਏ ਪਰਿਵਾਰਾਂ ਅਤੇ ਇਨਸਾਫ਼ ਦੀ ਉਡੀਕ ਕਰ ਰਹੀਆਂ ਮਹਿਲਾਵਾਂ ਦੀ ਦਰਦਨਾਕ ਕਹਾਣੀ ਹੈ। ਵਿਦੇਸ਼ਾਂ ਵਿੱਚ ਵਸੇ ਪੰਜਾਬੀਆਂ ਨਾਲ ਵਿਆਹ ਦੇ ਸੁਪਨੇ ਲੈ ਕੇ ਆਪਣਾ ਘਰ-ਪਰਿਵਾਰ ਛੱਡਣ ਵਾਲੀਆਂ ਅਨੇਕਾਂ ਲੜਕੀਆਂ ਅੱਜ ਇਨਸਾਫ਼ ਲਈ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਝਾ, ਦੁਆਬਾ ਅਤੇ ਮਾਲਵਾ ਖੇਤਰਾਂ ਵਿੱਚ ਐਨ ਆਰ ਆਈ ਵਿਆਹਾਂ ਦੀ ਗਿਣਤੀ ਕਾਫ਼ੀ ਜ਼ਿਆਦਾ ਹੈ, ਪਰ ਕੁਝ ਲੋਕਾਂ ਵੱਲੋਂ ਵਿਆਹ ਨੂੰ ਧੋਖਾਧੜੀ ਦਾ ਸਾਧਨ ਬਣਾਉਣ ਕਾਰਨ ਬੇਸ਼ੁਮਾਰ ਪਰਿਵਾਰ ਬਰਬਾਦ ਹੋ ਰਹੇ ਹਨ। ਕਈ ਮਾਮਲਿਆਂ ਵਿੱਚ ਵਿਆਹ ਤੋਂ ਬਾਅਦ ਪਤੀ ਵਿਦੇਸ਼ ਚਲੇ ਜਾਂਦੇ ਹਨ ਅਤੇ ਪਤਨੀ ਨੂੰ ਆਪਣੇ ਕੋਲ ਬੁਲਾਉਣ ਦੀ ਬਜਾਏ ਉਸ ਨਾਲ ਸਾਰੇ ਸੰਪਰਕ ਤੋੜ ਦਿੰਦੇ ਹਨ।

ਬਲਜੀਤ ਕੌਰ ਨੇ ਕਿਹਾ ਕਿ ਅਜਿਹੀਆਂ ਮਹਿਲਾਵਾਂ ਨੂੰ ਸਿਰਫ਼ ਕਾਨੂੰਨੀ ਹੀ ਨਹੀਂ, ਬਲਕਿ ਸਮਾਜਿਕ, ਆਰਥਿਕ ਅਤੇ ਮਾਨਸਿਕ ਤੌਰ ਤੇ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਈ ਪਰਿਵਾਰ ਆਪਣੀ ਸਾਰੀ ਜਮ੍ਹਾਂ ਪੁੰਜੀ ਧੀ ਦੇ ਵਿਆਹ ਤੇ ਖਰਚ ਕਰ ਦਿੰਦੇ ਹਨ, ਪਰ ਬਾਅਦ ਵਿੱਚ ਉਹੀ ਧੀਆਂ ਇਨਸਾਫ਼ ਲਈ ਸਾਲਾਂ ਤੱਕ ਅਦਾਲਤਾਂ ਅਤੇ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਥਿਤੀ ਸਿਰਫ਼ ਇੱਕ ਪਰਿਵਾਰ ਦੀ ਸਮੱਸਿਆ ਨਹੀਂ, ਸਗੋਂ ਪੰਜਾਬ ਦੇ ਸਮਾਜਿਕ ਢਾਂਚੇ ਲਈ ਵੀ ਇੱਕ ਗੰਭੀਰ ਚੁਣੌਤੀ ਬਣ ਚੁੱਕੀ ਹੈ। ਹਜ਼ਾਰਾਂ ਮਹਿਲਾਵਾਂ ਆਪਣੇ ਹੱਕਾਂ ਅਤੇ ਇਨਸਾਫ਼ ਲਈ ਲੰਬੀ ਲੜਾਈ ਲੜ ਰਹੀਆਂ ਹਨ, ਪਰ ਉਨ੍ਹਾਂ ਨੂੰ ਸਮੇਂ ਸਿਰ ਰਾਹਤ ਨਹੀਂ ਮਿਲ ਰਹੀ।

ਉਹਨਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਐਨ ਆਰ ਆਈ ਵਿਆਹ ਧੋਖਾਧੜੀ ਨਾਲ ਸਬੰਧਤ ਮਾਮਲਿਆਂ ਨੂੰ ਰੋਕਣ ਲਈ ਸਖ਼ਤ ਅਤੇ ਪ੍ਰਭਾਵਸ਼ਾਲੀ ਕਾਨੂੰਨ ਬਣਾਏ ਜਾਣ। ਵਿਦੇਸ਼ਾਂ ਵਿੱਚ ਰਹਿੰਦੇ ਉਹਨਾਂ ਪਤੀਆਂ ਖ਼ਿਲਾਫ਼ ਤੁਰੰਤ ਕਾਰਵਾਈ ਲਈ ਵਿਸ਼ੇਸ਼ ਕਾਨੂੰਨੀ ਵਿਵਸਥਾ ਕੀਤੀ ਜਾਵੇ ਜੋ ਵਿਆਹ ਤੋਂ ਬਾਅਦ ਆਪਣੀਆਂ ਪਤਨੀਆਂ ਨੂੰ ਛੱਡ ਦਿੰਦੇ ਹਨ ਜਾਂ ਉਨ੍ਹਾਂ ਨਾਲ ਧੋਖਾਧੜੀ ਕਰਦੇ ਹਨ। ਅਜਿਹੇ ਮਾਮਲਿਆਂ ਵਿੱਚ ਦੋਸ਼ੀਆਂ ਦੇ ਪਾਸਪੋਰਟ ਰੱਦ ਕਰਨ, ਸੰਪਤੀ ਜ਼ਬਤ ਕਰਨ, ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਅਤੇ ਅੰਤਰਰਾਸ਼ਟਰੀ ਪੱਧਰ ਤੇ ਕਾਨੂੰਨੀ ਕਾਰਵਾਈ ਨੂੰ ਤੇਜ਼ ਬਣਾਉਣ ਲਈ ਸਪੱਸ਼ਟ ਅਤੇ ਸਖ਼ਤ ਕਾਨੂੰਨੀ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਇਸ ਦੇ ਨਾਲ ਹੀ ਪੀੜਤ ਮਹਿਲਾਵਾਂ ਨੂੰ ਤੇਜ਼ੀ ਨਾਲ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਫਾਸਟ-ਟਰੈਕ ਅਦਾਲਤਾਂ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਪੰਜਾਬ ਮਹਿਲਾ ਕਾਂਗਰਸ ਇਸ ਮੁੱਦੇ ਨੂੰ ਲਗਾਤਾਰ ਉਠਾਉਂਦੀ ਰਹੇਗੀ ਅਤੇ ਐਨਆਰਆਈ ਵਿਆਹ ਧੋਖਾਧੜੀ ਦਾ ਸ਼ਿਕਾਰ ਹੋਈ ਹਰ ਮਹਿਲਾ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਕਰੇਗੀ। ਪੰਜਾਬ ਦੀਆਂ ਧੀਆਂ ਦੀ ਸੁਰੱਖਿਆ, ਸਨਮਾਨ ਅਤੇ ਭਵਿੱਖ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਸਰਕਾਰਾਂ ਨੂੰ ਸਿਰਫ਼ ਅੰਕੜਿਆਂ ਤੱਕ ਸੀਮਿਤ ਰਹਿਣ ਦੀ ਬਜਾਏ ਠੋਸ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਪੰਜਾਬੀ ਧੀ ਦੀ ਜ਼ਿੰਦਗੀ ਇਸ ਤਰ੍ਹਾਂ ਦੀ ਧੋਖਾਧੜੀ ਕਾਰਨ ਬਰਬਾਦ ਨਾ ਹੋਵੇ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending