Connect with us

Mohali

ਜ਼ਿਲ੍ਹੇ ਵਿੱਚ ਸਿਹਤ ਬੀਮਾ ਕਾਰਡ ਤੋਂ ਵਾਂਝਾ ਨਾ ਰਹੇ ਕੋਈ ਵੀ ਲਾਭਪਾਤਰੀ : ਸਿਵਲ ਸਰਜਨ

Published

on

ਜ਼ਿਲ੍ਹੇ ਦੇ ਸੀਨੀਅਰ ਸਿਹਤ ਅਧਿਕਾਰੀਆਂ ਨਾਲ ਮਹੀਨਾਵਾਰ ਸਮੀਖਿਆ ਬੈਠਕ ਕੀਤੀ

ਐਸ ਏ ਐਸ ਨਗਰ, 24 ਜੂਨ (ਸ.ਬ.) ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਜ਼ਿਲ੍ਹੇ ਦੇ ਸਿਹਤ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹੇ ਦੀਆਂ ਤਮਾਮ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਰੀਜ਼ਾਂ ਅਤੇ ਹੋਰ ਲੋਕਾਂ ਨੂੰ ਜਾਂਚ, ਇਲਾਜ ਅਤੇ ਦਵਾਈ ਪੱਖੋਂ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ ਅਤੇ ਤਮਾਮ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਯਕੀਨੀ ਬਣਾਈਆਂ ਜਾਣ।

ਵਿਭਾਗ ਦੇ ਅਧਿਕਾਰੀਆਂ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ ਵਿੱਚ ਹਰ ਲਾਭਪਾਤਰੀ ਦਾ ਸਿਹਤ ਬੀਮਾ ਕਾਰਡ ਯਕੀਨੀ ਤੌਰ ਤੇ ਬਣਾਇਆ ਜਾਵੇ ਅਤੇ ਲੋਕਾਂ ਨੂੰ ਇਸ ਯੋਜਨਾ ਦੇ ਫ਼ਾਇਦਿਆਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਲਾਭਪਾਤਰੀ ਇਸ ਕਾਰਡ ਤੋਂ ਵਾਂਝਾ ਨਾ ਰਹੇ।

ਐਚ. ਪੀ. ਵੀ. ਟੀਕਾਕਰਨ ਮੁਹਿੰਮ ਬਾਰੇ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਤਮਾਮ ਲਾਭਪਾਤਰੀ ਕੁੜੀਆਂ ਦਾ ਟੀਕਾਕਰਨ ਕਰਵਾਉਣਾ ਬਹੁਤ ਜ਼ਰੂਰੀ ਹੈ ਕਿਉਂਕਿ ਇਹ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਸਮੇਤ ਹੋਰ ਬੀਮਾਰੀਆਂ ਤੋਂ ਰੋਕਥਾਮ ਲਈ ਲੋੜੀਂਦਾ ਹੈ। ਉਨ੍ਹਾਂ ਹਦਾਇਤ ਕੀਤੀ ਕਿ ਐਚ. ਪੀ. ਵੀ. ਟੀਕਾਕਰਨ ਲਈ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਲਾਭਪਾਤਰੀ ਕੁੜੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਦਵਾਈ ਦੇ ਫ਼ਾਇਦਿਆਂ ਬਾਰੇ ਚੰਗੀ ਤਰ੍ਹਾਂ ਸਮਝਾਇਆ ਜਾਵੇ।

ਸਿਵਲ ਸਰਜਨ ਨੇ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਹਰ ਥਾਂ ਸਾਫ਼-ਸਫ਼ਾਈ, ਪਖ਼ਾਨਿਆਂ ਦੀ ਸਫ਼ਾਈ ਆਦਿ ਪੂਰੀ ਤਰ੍ਹਾਂ ਯਕੀਨੀ ਬਣਾਈ ਜਾਵੇ ਤਾਕਿ ਮਰੀਜ਼ਾਂ ਨੂੰ ਸਾਫ਼-ਸੁਥਰਾ ਮਾਹੌਲ ਪ੍ਰਦਾਨ ਕੀਤਾ ਜਾ ਸਕੇ। ਗਰਮੀ ਦੇ ਮੌਸਮ ਦੌਰਾਨ ਹਰ ਸੰਸਥਾ ਵਿਚ ਮਰੀਜ਼ਾਂ ਅਤੇ ਹੋਰ ਲੋਕਾਂ ਲਈ ਪੀਣ ਵਾਲੇ ਪਾਣੀ ਦਾ ਪ੍ਰਬੰਧ ਹੋਣਾ ਚਾਹੀਦਾ ਹੈ। ਉਨ੍ਹਾਂ ਮੁੜ ਹਦਾਇਤ ਕੀਤੀ ਕਿ ਹਸਪਤਾਲਾਂ ਵਿਚ 24 ਘੰਟੇ ਲਈ ਬਿਜਲੀ ਦੀ ਬੇਰੋਕ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਕਿਸੇ ਹੰਗਾਮੀ ਸਥਿਤੀ ਨਾਲ ਸਿੱਝਣ ਵਾਸਤੇ ਪੂਰਾ ਪਾਵਰ ਬੈਕਅੱਪ ਵੀ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਹਰ ਸਰਕਾਰੀ ਸਿਹਤ ਸੰਸਥਾ ਵਿਚ ਹਰ ਸਮੇਂ ਲੋੜੀਆਂ ਦਵਾਈਆਂ ਦਾ ਪੂਰਾ ਸਟਾਕ ਹੋਣਾ ਚਾਹੀਦਾ ਹੈ। ਜੇ ਕਿਤੇ ਕੋਈ ਕਮੀ ਹੈ ਤਾਂ ਤੁਰੰਤ ਉੱਚ-ਅਧਿਕਾਰੀਆਂ ਦੇ ਧਿਆਨ ਵਿਚ ਲਿਆ ਕੇ ਲੋੜੀਂਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ ਆਮ ਮਰੀਜ਼ਾਂ ਤੋਂ ਇਲਾਵਾ ਗਰਭਵਤੀ ਔਰਤਾਂ ਨੂੰ ਜਾਂਚ, ਇਲਾਜ ਅਤੇ ਦਵਾਈ ਸਮੇਤ ਪੂਰੀਆਂ ਸਿਹਤ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ। ਡੇਂਗੂ, ਮਲੇਰੀਆ, ਚਿਕਨਗੁਨੀਆ ਤੇ ਹੋਰ ਸਬੰਧਤ ਬੀਮਾਰੀਆਂ ਦੀ ਰੋਕਥਾਮ ਤੇ ਖ਼ਾਸ ਜ਼ੋਰ ਦਿੰਦਿਆਂ ਸਿਵਲ ਸਰਜਨ ਨੇ ਤਮਾਮ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਬੀਮਾਰੀਆਂ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਘਰ-ਘਰ ਜਾ ਕੇ ਕੀਤੀ ਜਾ ਰਹੀ ਚੈਕਿੰਗ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ।

Continue Reading

Mohali

ਗਮਾਡਾ ਨੇ ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਨਾਜਾਇਜ਼ ਕਲੋਨੀ ਕੱਟਣ ਵਾਲਿਆਂ ਖਿਲਾਫ ਕੀਤੀ ਕਾਰਵਾਈ

Published

on

By

ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹੀ, ਸੀਵਰੇਜ ਦੀਆਂ ਲਾਈਨਾਂ ਪੁੱਟੀਆਂ

ਐਸ ਏ ਐਸ ਨਗਰ, 29 ਅਕਤੂਬਰ (ਪਵਨ ਰਾਵਤ) ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਕਥਿਤ ਤੌਰ ਤੇ ਨਾਜਾਇਜ਼ ਕਲੋਨੀ ਕੱਟਣ ਅਤੇ ਹਰੇ-ਭਰੇ ਦਰੱਖਤਾਂ ਦੀ ਕਟਾਈ ਦੇ ਮਾਮਲੇ ਵਿੱਚ ਗਮਾਡਾ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਮੌਕੇ ਤੇ ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹ ਦਿੱਤੀ ਗਈ ਅਤੇ ਸੀਵਰੇਜ ਦੀਆਂ ਲਾਈਨਾਂ ਪੁੱਟ ਦਿੱਤੀਆਂ ਗਈਆਂ।

ਗਮਾਡਾ ਦੀ ਰੈਗੁਲੇਟਰੀ ਬ੍ਰਾਂਚ ਦੇ ਐਸ ਡੀ ਓ ਸz. ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਕਾਰਵਾਈ ਨਾਲ ਨਾਜਾਇਜ਼ ਤੌਰ ਤੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਸਖ਼ਤ ਸੰਦੇਸ਼ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਕੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜਿਨ੍ਹਾਂ ਲੋਕਾਂ ਨੇ ਲੋੜੀਂਦੀਆਂ ਮਨਜ਼ੂਰੀਆਂ ਲਏ ਬਿਨਾਂ ਉਸਾਰੀ ਕੀਤੀ ਹੈ, ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਗਲਤਫ਼ਹਿਮੀ ਨਹੀਂ ਰੱਖਣੀ ਚਾਹੀਦੀ ਕਿ ਮਕਾਨ ਬਣ ਜਾਣ ਤੋਂ ਬਾਅਦ ਗਮਾਡਾ ਕੋਈ ਕਾਰਵਾਈ ਨਹੀਂ ਕਰ ਸਕਦਾ। ਜੇਕਰ ਕਿਸੇ ਨੇ ਬਿਨਾਂ ਮਨਜ਼ੂਰੀ ਮਕਾਨ ਬਣਾਇਆ ਹੈ, ਤਾਂ ਗਮਾਡਾ ਵੱਲੋਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

Continue Reading

Mohali

ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਰੋਸ ਧਰਨਾ

Published

on

By

ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਆਪਣੀਆਂ ਲਮਕਦੀਆਂ ਮੰਗਾਂ ਮੰਗਵਾਉਣ ਲਈ ਸz. ਲਛਮਣ ਸਿੰਘ ਗਰੇਵਾਲ ਅਤੇ ਰਾਜਵਿੰਦਰ ਸਿੰਘ ਤਰਸਿੱਕਾ ਦੀ ਅਗਵਾਈ ਵਿੱਚ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫਤਰ (ਵਿਕਾਸ ਭਵਨ ਮੁਹਾਲੀ) ਵਿਖੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਬੁਲਾਰਿਆਂ ਵੱਲੋਂ ਕਿਹਾ ਗਿਆ ਕਿ ਸਰਕਾਰ ਅਤੇ ਵਿਭਾਗ ਉਨ੍ਹਾਂ ਨਾਲ ਮਤਰੇਈ ਮਾਂ ਜਿਹਾ ਸਲੂਕ ਕਰ ਰਿਹਾ ਹੈ। ਪੇ-ਕਮਿਸ਼ਨ ਦੇ ਬਕਾਏ ਜਾਰੀ ਨਹੀਂ ਕੀਤੇ ਜਾ ਰਹੇ, ਬੁਢਾਪਾ ਭੱਤਾ ਪੂਰਾ ਨਹੀਂ ਦਿੱਤਾ ਜਾ ਰਿਹਾ, ਐਲ. ਟੀ. ਸੀ. ਦੀ ਸਹੂਲਤ ਲਾਗੂ ਨਹੀਂ ਕੀਤੀ ਜਾ ਰਹੀ, ਪੈਨਸ਼ਨ ਲਾਉਣ ਲਈ ਕੋਈ ਸਮਾਂ ਸੀਮਾਂ ਨਹੀਂ, ਪੈਨਸ਼ਨ ਸਮੇਂ ਸਿਰ ਨਹੀਂ ਦਿੱਤੀ ਜਾਂਦੀ, ਅਦਾਲਤੀ ਫੈਸਲਿਆਂ ਨੂੰ ਅਪੀਲਾਂ ਰਾਹੀਂ ਲਟਕਾਇਆ ਜਾ ਰਿਹਾ ਹੈ ਅਤੇ ਪੈਨਸ਼ਨ ਸੈਲ ਨੂੰ ਸੂਚਾਰੂ ਬਣਾਉਣ ਲਈ ਯਤਨ ਨਹੀਂ ਕੀਤੇ ਜਾਂਦੇ।

ਉਨ੍ਹਾਂ ਕਿਹਾ ਕਿ ਜੇ ਇਸ ਧਰਨੇ ਉਪਰੰਤ ਵੀ ਕਾਰਗਰ ਕਦਮ ਨਾ ਚੁੱਕੇ ਗਏ ਤਾਂ 25 ਨਵੰਬਰ ਨੂੰ ਮੁੜ ਧਰਨਾ ਲਗਾਇਆ ਜਾਵੇਗਾ। ਧਰਨੇ ਨੂੰ ਪੈਨਸ਼ਨਰ ਆਗੂਆਂ ਲਛਮਣ ਸਿੰਘ ਗਰੇਵਾਲ, ਰਾਜਵਿੰਦਰ ਸਿੰਘ ਤਰਸਿੱਕਾ, ਕੁਲਵੰਤ ਕੌਰ ਬਾਠ, ਗੁਰਮੀਤ ਸਿੰਘ ਭਾਂਖਰਪੁਰ, ਸੁਰਿੰਦਰ ਹਾਟਾ, ਸ਼ੇਰ ਮੁਹੰਮਦ, ਲਖਵਿੰਦਰ ਸਿੰਘ, ਰਾਜਵੰਤ ਸਿੰਘ, ਦਰਸ਼ਨ ਸਿੰਘ, ਮਾਨ ਸਿੰਘ, ਬਲਦੇਵ ਸਿੰਘ, ਮਹਿੰਦਰ ਸਿੰਘ ਭੰਗੂ, ਭਗਵਾਨ ਸਿੰਘ ਤੇ ਜਾਗੀਰ ਸਿੰਘ ਢਿੱਲੋਂ ਆਦਿ ਨੇ ਸੰਬੋਧਨ ਕੀਤਾ।

Continue Reading

Mohali

ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਸਕੱਤਰ ਫੂਡ ਸਪਲਾਈ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ

Published

on

By

ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਸਕੱਤਰ ਫੂਡ ਸਪਲਾਈ ਪੰਜਾਬ ਨੂੰ ਡਿਪਟੀ ਕਮਿਸ਼ਨਰ ਮੁਹਾਲੀ ਰਾਹੀਂ ਮੰਗ ਪੱਤਰ ਦੇ ਕੇ ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਨੇ ਦੱਸਿਆ ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨਾ ਵੇਚਣ ਵਿੱਚ ਮੁਸ਼ਕਲ ਪੇਸ਼ ਆ ਰਹੀ ਹੈ ਕਿਉਂਕਿ ਆੜ੍ਹਤੀਆਂ ਵੱਲੋਂ ਕਿਸਾਨਾਂ ਨੂੰ ਕਿਹਾ ਜਾ ਰਿਹਾ ਹੈ ਕਿ ਸਰਕਾਰ ਦਾ ਖਰੀਦ ਦਾ ਟੀਚਾ ਪੂਰਾ ਹੋ ਜਾਣ ਕਾਰਨ ਸਰਕਾਰ ਵੱਲੋਂ ਖਰੀਦ ਬੰਦ ਕਰ ਦਿੱਤੀ ਗਈ ਹੈ।

ਉਹਨਾਂ ਕਿਹਾ ਕਿ ਕੁਝ ਮੰਡੀਆਂ ਵਿੱਚ ਬਾਰਦਾਨਾ ਮੁਹਈਆ ਨਹੀਂ ਕਰਵਾਇਆ ਜਾ ਰਿਹਾ ਅਤੇ ਕੁਝ ਮੰਡੀਆਂ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਦੱਸ ਕੇ ਕਈ-ਕਈ ਦਿਨਾਂ ਤੋਂ ਖਰੀਦ ਨਹੀਂ ਕੀਤੀ ਜਾ ਰਹੀ। ਉਹਨਾਂ ਲਿਖਿਆ ਹੈ ਕਿ ਸੀਜਨ ਦੇ ਪਹਿਲੇ ਦਿਨ ਤੋਂ ਹੀ ਸਰਕਾਰ ਕਹਿ ਰਹੀ ਹੈ ਕਿ ਝੋਨਾ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ, ਇਸ ਕਰਕੇ ਖਰੀਦ ਬੰਦ ਨਹੀਂ ਕਰਨੀ ਚਾਹੀਦੀ।

ਉਹਨਾਂ ਲਿਖਿਆ ਹੈ ਕਿ ਖੇਤੀਬਾੜੀ ਵਿਭਾਗ ਦੇ ਸਰਵੇ ਅਨੁਸਾਰ ਝਾੜ ਵਿੱਚ ਵਾਧਾ ਹੋਇਆ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਕਿਹਾ ਜਾ ਰਿਹਾ ਹੈ ਪਿਛਲੇ ਸਾਲਾਂ ਦੇ ਸੀਜਨਾਂ ਦੇ ਝਾੜ ਮੁਤਾਬਕ ਖਰੀਦ ਕੀਤੀ ਜਾਵੇਗੀ ਜਦ ਕਿ ਇਸ ਸਾਲ ਝਾੜ ਜਿਆਦਾ ਹੈ। ਪਿਛਲੇ ਸੀਜ਼ਨ ਵਿੱਚ ਤਾਂ ਹੜ੍ਹਾਂ ਅਤੇ ਬਿਮਾਰੀਆਂ ਕਾਰਨ ਫਸਲ ਘੱਟ ਹੁੰਦੀ ਰਹੀ।

ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਨਿਰਵਿਘਨ ਖਰੀਦ ਕੀਤੀ ਜਾਵੇ ਕਿਉਂਕਿ ਜੇਕਰ ਕਿਸਾਨ ਨੂੰ ਮੰਡੀਆਂ ਵਿੱਚ ਵਾਧੂ ਟਾਈਮ ਲੱਗੇਗਾ ਤਾਂ ਕਣਕ ਦੀ ਬਿਜਾਈ ਵੀ ਲੇਟ ਹੋਵੇਗੀ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਖਾਦ ਅਤੇ ਹੋਰ ਖਾਦਾਂ ਦਾ ਪ੍ਰਬੰਧ ਕਰਨ ਲਈ ਵਾਧੂ ਪਰੇਸ਼ਾਨ ਹੋਣਾ ਪੈ ਰਿਹਾ ਹੈ। ਉਪਰੋਕਤ ਮੰਗਾਂ ਤੇ ਤੁਰੰਤ ਧਿਆਨ ਦਿੱਤਾ ਜਾਵੇ ਕਿਸੇ ਵੀ ਦਾਣਾ ਮੰਡੀ ਵਿੱਚ ਖਰੀਦ ਬੰਦ ਨਾ ਕੀਤੀ ਜਾਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਹਰ ਸਿੰਘ ਥੇੜੀ ਪ੍ਰੈਸ ਸਕੱਤਰ ਪੰਜਾਬ, ਹਕੀਕਤ ਸਿੰਘ ਘੜੂੰਆਂ ਜ਼ਿਲ੍ਹਾ ਪ੍ਰੈਸ ਸਕੱਤਰ, ਬਹਾਦਰ ਸਿੰਘ ਨਿਆਮੀਆਂ ਜ਼ਿਲ੍ਹਾ ਜਨਰਲ ਸਕੱਤਰ, ਕੁਲਦੀਪ ਸਿੰਘ ਜਲਾਲਪੁਰ ਬਲਾਕ ਡੇਰਾਬੱਸੀ, ਜਰਨੈਲ ਸਿੰਘ ਦਿਆਲਪੁਰਾ ਬਲਾਕ ਪ੍ਰਧਾਨ ਡੇਰਾਬੱਸੀ, ਬਲਵਿੰਦਰ ਸਿੰਘ ਮਲਕਪੁਰ ਡੇਰਾਬੱਸੀ, ਪ੍ਰੇਮ ਸਿੰਘ ਮੀਰਪੁਰ ਡੇਰਾਬੱਸੀ, ਤਲਵਿੰਦਰ ਸਿੰਘ ਡੇਰਾਬੱਸੀ ਹਾਜ਼ਰ ਸਨ।

Continue Reading

Latest News

Trending