Mohali
ਬਰਸਾਤ ਨੇ ਖੋਲ੍ਹੀ ਜਲ ਨਿਕਾਸੀ ਪ੍ਰਬੰਧਾਂ ਦੀ ਪੋਲ, 1 ਘੰਟਾ ਪਏ ਮੀਂਹ ਕਾਰਨ ਚੰਡੀਗੜ੍ਹ ਅਤੇ ਮੁਹਾਲੀ ਵਿੱਚ ਹੋਇਆ ਜਲ-ਥਲ, ਥਾਂ ਥਾਂ ਤੇ ਖੜ੍ਹੇ ਪਾਣੀ ਕਾਰਨ ਲੋਕ ਹੋਏ ਪਰੇਸ਼ਾਨ
ਮੁਹਾਲੀ ਨਗਰ ਨਿਗਮ, ਮੇਅਰ, ਵਿਧਾਇਕ ਤੇ ਸਰਕਾਰ ਪੂਰੀ ਤਰ੍ਹਾਂ ਫੇਲ੍ਹ : ਜੀਤੀ ਸਿੱਧੂ
ਐਸ ਏ ਐਸ ਨਗਰ, 6 ਜੁਲਾਈ (ਸ.ਬ.) ਪੰਜਾਬ ਭਰ ਵਿੱਚ ਪੈ ਰਹੀ ਲਗਾਤਾਰ ਬਰਸਾਤ ਦਾ ਅਸਰ ਰਾਜਧਾਨੀ ਚੰਡੀਗੜ੍ਹ ਅਤੇ ਮੁਹਾਲੀ ਵਿੱਚ ਵੀ ਦੇਖਣ ਨੂੰ ਮਿਲਿਆ ਹੈ, ਜਿੱਥੇ ਬਰਸਾਤ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਤਾਂ ਮਿਲੀ ਹੈ ਪਰੰਤੂ ਨਾਲ ਹੀ ਬਰਸਾਤ ਨੇ ਜਲ ਨਿਕਾਸੀ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ।
ਅੱਜ ਸਵੇਰੇ 11 ਵਜੋਂ ਦੇ ਕਰੀਬ ਆਰੰਭ ਹੋਈ ਤੇਜ ਬਰਸਾਤ ਕਾਰਨ 1 ਘੰਟੇ ਵਿੱਚ ਹੀ ਸਾਰੇ ਪਾਸੇ ਜਲ ਥਲ ਹੋ ਗਈ ਅਤੇ ਸੜਕਾਂ ਤੇ ਪਾਣੀ ਭਰ ਜਾਣ ਕਾਰਨ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਮ੍ਹਣਾ ਕਰਨਾ ਪਿਆ। ਇਸ ਦੌਰਾਨ ਸੜਕਾਂ ਤੇ ਪਾਣੀ ਭਰ ਜਾਣ ਕਾਰਨ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਅਤੇ ਸੜਕਾਂ ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਇਹ ਹਾਲਾਤ ਦੋ ਤਿੰਨ ਘੰਟੇ ਤਕ ਬਣੇ ਰਹੇ ਅਤੇ ਫਿਰ ਪਾਣੀ ਉਤਰਨ ਕਾਰਨ ਲੋਕਾਂ ਨੂੰ ਥੋੜ੍ਹੀ ਰਾਹਤ ਮਿਲੀ।
ਮੁਹਾਲੀ ਵਿੱਚ ਹੋਈ ਪਹਿਲੀ ਭਾਰੀ ਬਰਸਾਤ ਦੌਰਾਨ ਕਈ ਥਾਵਾਂ ਤੇ ਪਾਣੀ ਭਰਨ ਅਤੇ ਨਿਕਾਸੀ ਪ੍ਰਬੰਧਾਂ ਦੇ ਠੱਪ ਹੋਣ ਤੋਂ ਬਾਅਦ ਮੁਹਾਲੀ ਨਗਰ ਨਿਗਮ ਦੇ ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਹਾਲਾਤ ਦਾ ਜਾਇਜਾ ਲਿਆ। ਉਨ੍ਹਾਂ ਦਾਅਵਾ ਕੀਤਾ ਕਿ ਪਾਣੀ ਦੀ ਨਿਕਾਸੀ ਦੇ ਮਾਮਲੇ ਵਿੱਚ ਮੁਹਾਲੀ ਨਗਰ ਨਿਗਮ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ, ਜਿਸ ਕਾਰਨ ਪਹਿਲੀ ਹੀ ਬਰਸਾਤ ਵਿੱਚ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਉਹਨਾਂ ਦੱਸਿਆ ਕਿ ਸੈਕਟਰ-77 ਵਿੱਚ ਸੋਹਾਣਾ ਗੁਰਦੁਆਰਾ ਸਾਹਿਬ ਦੇ ਸਾਹਮਣੇ, ਜੁਬਲੀ ਵਾਕ ਮਾਰਕੀਟ ਅਤੇ ਫੇਜ਼-4 ਤੋਂ ਫੇਜ਼-11 ਤੱਕ ਦੇ ਇਲਾਕਿਆਂ ਵਿੱਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਨੂੰ ਬੁਰੀ ਤਰ੍ਹਾਂ ਪਰੇਸ਼ਾਨ ਹੋਣਾ ਪਿਆ। ਉਹਨਾਂ ਦਾਅਵਾ ਕੀਤਾ ਕਿ ਉਨ੍ਹਾਂ ਦੇ ਮੇਅਰ ਰਹਿਣ ਦੌਰਾਨ ਜਨਵਰੀ ਮਹੀਨੇ ਵਿੱਚ ਹੀ ਪਾਣੀ ਦੀ ਨਿਕਾਸੀ ਨੂੰ ਸੁਚਾਰੂ ਬਣਾਉਣ ਲਈ ਟੈਂਡਰ ਪਾਸ ਕੀਤੇ ਗਏ ਸਨ ਅਤੇ ਇਨ੍ਹਾਂ ਟੈਂਡਰਾਂ ਵਿੱਚ ਸਿਰਫ਼ ਸੜਕਾਂ ਅਤੇ ਗਲੀਆਂ ਦੀ ਸਫਾਈ ਹੀ ਨਹੀਂ, ਬਲਕਿ ਡਰੇਨੇਜ ਪਾਈਪਾਂ ਦੀ ਸਫਾਈ ਵੀ ਸ਼ਾਮਲ ਸੀ, ਪਰ ਬਾਅਦ ਵਿੱਚ ਇਨ੍ਹਾਂ ਕੰਮਾਂ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ।
ਉਨ੍ਹਾਂ ਦੋਸ਼ ਲਗਾਇਆ ਕਿ 11 ਅਪ੍ਰੈਲ ਨੂੰ ਉਹਨਾਂ ਵਲੋਂ ਅਹੁਦਾ ਛੱਡਣ ਤੋਂ ਬਾਅਦ ਨਾ ਤਾਂ ਅਧਿਕਾਰੀਆਂ ਨੇ ਸਮੇਂ ਸਿਰ ਕੰਮ ਕਰਵਾਇਆ ਅਤੇ ਨਾ ਹੀ ਬਾਅਦ ਵਿੱਚ ਚੁਣੀ ਗਈ ਨਗਰ ਨਿਗਮ ਦੀ ਅਗਵਾਈ ਨੇ ਜ਼ਮੀਨੀ ਪੱਧਰ ਤੇ ਕੋਈ ਪ੍ਰਭਾਵਸ਼ਾਲੀ ਕਾਰਵਾਈ ਕੀਤੀ। ਉਹਨਾਂ ਕਿਹਾ ਕਿ ਹੁਣ ਜਦੋਂ ਪੰਜਾਬ ਵਿੱਚ ਸਰਕਾਰ ਵੀ ਆਮ ਆਦਮੀ ਪਾਰਟੀ ਦੀ ਹੈ, ਮੁਹਾਲੀ ਦਾ ਵਿਧਾਇਕ ਵੀ ਆਮ ਆਦਮੀ ਪਾਰਟੀ ਨਾਲ ਸਬੰਧਤ ਹੈ ਅਤੇ ਨਗਰ ਨਿਗਮ ਦਾ ਮੇਅਰ ਵੀ ਉਸੇ ਪਾਰਟੀ ਦਾ ਹੈ, ਫਿਰ ਵੀ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਲਈ ਪਰੇਸ਼ਾਨ ਕਿਉਂ ਹੋਣਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਮੌਜੂਦਾ ਸਰਕਾਰ, ਸਥਾਨਕ ਵਿਧਾਇਕ, ਨਗਰ ਨਿਗਮ ਪ੍ਰਸ਼ਾਸਨ ਅਤੇ ਮੌਜੂਦਾ ਮੇਅਰ ਇਸ ਦੀ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦੇ।
ਇਸ ਦੌਰਾਨ ਸਮਾਜ ਸੇਵੀ ਆਗੂ ਅਤੇ ਪੂਡਾ ਦੇ ਸੇਵਾਮੁਕਤ ਐਕਸੀਅਨ ਇੰਜ ਐਨ ਐਸ ਕਲਸੀ ਨੇ ਕਿਹਾ ਕਿ ਅੱਜ ਹੋਈ ਥੋੜ੍ਹੀ ਦੇਰ ਦੀ ਬਰਸਾਤ ਨੇ ਨਗਰ ਨਿਗਮ ਵੱਲੋਂ ਸ਼ਹਿਰ ਦੇ ਵਿਕਾਸ ਲਈ ਕੀਤੇ ਜਾ ਰਹੇ ਲੰਬੇ ਚੌੜੇ ਦਾਅਵਿਆਂ ਦੀ ਫੂਕ ਕੱਢ ਦਿੱਤੀ ਹੈ। ਉਨ੍ਹਾਂ ਕਿਹਾ ਕਿ ਥੋੜ੍ਹੀ ਦੇਰ ਦੀ ਬਰਸਾਤ ਕਾਰਨ ਸ਼ਹਿਰ ਦੀਆਂ ਕਈ ਥਾਂਵਾਂ ਤੇ ਜਲ-ਥਲ ਹੋ ਗਈ ਅਤੇ ਸੜਕਾਂ ਤੇ ਭਾਰੀ ਪਾਣੀ ਖੜ੍ਹਾ ਹੋ ਗਿਆ ਜਿਸ ਕਾਰਨ ਦੋਪਹੀਆ ਵਾਹਨ ਚਾਲਕਾਂ ਅਤੇ ਰਾਹਗੀਰਾਂ ਨੂੰ ਪਾਣੀ ਵਿੱਚੋਂ ਲੰਘਣ ਦੌਰਾਨ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਕਈ ਵਾਹਨ ਪਾਣੀ ਵਿਚ ਫਸਦੇ ਵੀ ਨਜ਼ਰ ਆਏ।
ਉਨ੍ਹਾਂ ਕਿਹਾ ਕਿ ਹਰ ਸਾਲ ਬਰਸਾਤ ਦੌਰਾਨ ਪਾਣੀ ਦੀ ਨਿਕਾਸੀ ਦੀ ਸਮੱਸਿਆ ਬਣ ਜਾਂਦੀ ਹੈ, ਪਰੰਤੂ ਪ੍ਰਸ਼ਾਸ਼ਨ ਵੱਲੋਂ ਇਸਦਾ ਕੋਈ ਵੀ ਪੱਕਾ ਹੱਲ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਕਈ ਵਾਰ ਪ੍ਰਸ਼ਾਸ਼ਨ ਨੂੰ ਜਲ ਨਿਕਾਸੀ ਅਤੇ ਸੀਵਰੇਜ ਦੀ ਸਫਾਈ ਸਬੰਧੀ ਪੱਤਰ ਲਿਖ ਕੇ ਜਾਣੂ ਕਰਵਾਇਆ ਗਿਆ ਹੈ ਅਤੇ ਪਾਣੀ ਦੀ ਸੁਚੱਜੀ ਨਿਕਾਸੀ ਨੂੰ ਯਕੀਨੀ ਕਰਨ ਲਈ ਬਾਕਾਇਦਾ ਡ੍ਰਾਇੰਗਾਂ ਵੀ ਬਣਾ ਕੇ ਦਿੱਤੀਆਂ ਹਨ, ਪਰੰਤੂ ਪ੍ਰਸ਼ਾਸ਼ਨ ਵੱਲੋਂ ਇਸ ਪਾਸੇ ਕਿਸੇ ਕਿਸਮ ਦਾ ਧਿਆਨ ਨਹੀਂ ਦਿੱਤਾ ਗਿਆ, ਜਿਸਦਾ ਖਾਮਿਆਜ਼ਾ ਆਮ ਲੋਕਾਂ ਨੂੰ ਭੁਗਤਨਾ ਪੈਂਦਾ ਹੈ।
Mohali
ਗਮਾਡਾ ਨੇ ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਨਾਜਾਇਜ਼ ਕਲੋਨੀ ਕੱਟਣ ਵਾਲਿਆਂ ਖਿਲਾਫ ਕੀਤੀ ਕਾਰਵਾਈ
ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹੀ, ਸੀਵਰੇਜ ਦੀਆਂ ਲਾਈਨਾਂ ਪੁੱਟੀਆਂ
ਐਸ ਏ ਐਸ ਨਗਰ, 29 ਅਕਤੂਬਰ (ਪਵਨ ਰਾਵਤ) ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਕਥਿਤ ਤੌਰ ਤੇ ਨਾਜਾਇਜ਼ ਕਲੋਨੀ ਕੱਟਣ ਅਤੇ ਹਰੇ-ਭਰੇ ਦਰੱਖਤਾਂ ਦੀ ਕਟਾਈ ਦੇ ਮਾਮਲੇ ਵਿੱਚ ਗਮਾਡਾ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਮੌਕੇ ਤੇ ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹ ਦਿੱਤੀ ਗਈ ਅਤੇ ਸੀਵਰੇਜ ਦੀਆਂ ਲਾਈਨਾਂ ਪੁੱਟ ਦਿੱਤੀਆਂ ਗਈਆਂ।
ਗਮਾਡਾ ਦੀ ਰੈਗੁਲੇਟਰੀ ਬ੍ਰਾਂਚ ਦੇ ਐਸ ਡੀ ਓ ਸz. ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਕਾਰਵਾਈ ਨਾਲ ਨਾਜਾਇਜ਼ ਤੌਰ ਤੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਸਖ਼ਤ ਸੰਦੇਸ਼ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਕੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜਿਨ੍ਹਾਂ ਲੋਕਾਂ ਨੇ ਲੋੜੀਂਦੀਆਂ ਮਨਜ਼ੂਰੀਆਂ ਲਏ ਬਿਨਾਂ ਉਸਾਰੀ ਕੀਤੀ ਹੈ, ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਗਲਤਫ਼ਹਿਮੀ ਨਹੀਂ ਰੱਖਣੀ ਚਾਹੀਦੀ ਕਿ ਮਕਾਨ ਬਣ ਜਾਣ ਤੋਂ ਬਾਅਦ ਗਮਾਡਾ ਕੋਈ ਕਾਰਵਾਈ ਨਹੀਂ ਕਰ ਸਕਦਾ। ਜੇਕਰ ਕਿਸੇ ਨੇ ਬਿਨਾਂ ਮਨਜ਼ੂਰੀ ਮਕਾਨ ਬਣਾਇਆ ਹੈ, ਤਾਂ ਗਮਾਡਾ ਵੱਲੋਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
Mohali
ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਰੋਸ ਧਰਨਾ
ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਆਪਣੀਆਂ ਲਮਕਦੀਆਂ ਮੰਗਾਂ ਮੰਗਵਾਉਣ ਲਈ ਸz. ਲਛਮਣ ਸਿੰਘ ਗਰੇਵਾਲ ਅਤੇ ਰਾਜਵਿੰਦਰ ਸਿੰਘ ਤਰਸਿੱਕਾ ਦੀ ਅਗਵਾਈ ਵਿੱਚ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫਤਰ (ਵਿਕਾਸ ਭਵਨ ਮੁਹਾਲੀ) ਵਿਖੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਬੁਲਾਰਿਆਂ ਵੱਲੋਂ ਕਿਹਾ ਗਿਆ ਕਿ ਸਰਕਾਰ ਅਤੇ ਵਿਭਾਗ ਉਨ੍ਹਾਂ ਨਾਲ ਮਤਰੇਈ ਮਾਂ ਜਿਹਾ ਸਲੂਕ ਕਰ ਰਿਹਾ ਹੈ। ਪੇ-ਕਮਿਸ਼ਨ ਦੇ ਬਕਾਏ ਜਾਰੀ ਨਹੀਂ ਕੀਤੇ ਜਾ ਰਹੇ, ਬੁਢਾਪਾ ਭੱਤਾ ਪੂਰਾ ਨਹੀਂ ਦਿੱਤਾ ਜਾ ਰਿਹਾ, ਐਲ. ਟੀ. ਸੀ. ਦੀ ਸਹੂਲਤ ਲਾਗੂ ਨਹੀਂ ਕੀਤੀ ਜਾ ਰਹੀ, ਪੈਨਸ਼ਨ ਲਾਉਣ ਲਈ ਕੋਈ ਸਮਾਂ ਸੀਮਾਂ ਨਹੀਂ, ਪੈਨਸ਼ਨ ਸਮੇਂ ਸਿਰ ਨਹੀਂ ਦਿੱਤੀ ਜਾਂਦੀ, ਅਦਾਲਤੀ ਫੈਸਲਿਆਂ ਨੂੰ ਅਪੀਲਾਂ ਰਾਹੀਂ ਲਟਕਾਇਆ ਜਾ ਰਿਹਾ ਹੈ ਅਤੇ ਪੈਨਸ਼ਨ ਸੈਲ ਨੂੰ ਸੂਚਾਰੂ ਬਣਾਉਣ ਲਈ ਯਤਨ ਨਹੀਂ ਕੀਤੇ ਜਾਂਦੇ।
ਉਨ੍ਹਾਂ ਕਿਹਾ ਕਿ ਜੇ ਇਸ ਧਰਨੇ ਉਪਰੰਤ ਵੀ ਕਾਰਗਰ ਕਦਮ ਨਾ ਚੁੱਕੇ ਗਏ ਤਾਂ 25 ਨਵੰਬਰ ਨੂੰ ਮੁੜ ਧਰਨਾ ਲਗਾਇਆ ਜਾਵੇਗਾ। ਧਰਨੇ ਨੂੰ ਪੈਨਸ਼ਨਰ ਆਗੂਆਂ ਲਛਮਣ ਸਿੰਘ ਗਰੇਵਾਲ, ਰਾਜਵਿੰਦਰ ਸਿੰਘ ਤਰਸਿੱਕਾ, ਕੁਲਵੰਤ ਕੌਰ ਬਾਠ, ਗੁਰਮੀਤ ਸਿੰਘ ਭਾਂਖਰਪੁਰ, ਸੁਰਿੰਦਰ ਹਾਟਾ, ਸ਼ੇਰ ਮੁਹੰਮਦ, ਲਖਵਿੰਦਰ ਸਿੰਘ, ਰਾਜਵੰਤ ਸਿੰਘ, ਦਰਸ਼ਨ ਸਿੰਘ, ਮਾਨ ਸਿੰਘ, ਬਲਦੇਵ ਸਿੰਘ, ਮਹਿੰਦਰ ਸਿੰਘ ਭੰਗੂ, ਭਗਵਾਨ ਸਿੰਘ ਤੇ ਜਾਗੀਰ ਸਿੰਘ ਢਿੱਲੋਂ ਆਦਿ ਨੇ ਸੰਬੋਧਨ ਕੀਤਾ।
Mohali
ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਸਕੱਤਰ ਫੂਡ ਸਪਲਾਈ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ
ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਸਕੱਤਰ ਫੂਡ ਸਪਲਾਈ ਪੰਜਾਬ ਨੂੰ ਡਿਪਟੀ ਕਮਿਸ਼ਨਰ ਮੁਹਾਲੀ ਰਾਹੀਂ ਮੰਗ ਪੱਤਰ ਦੇ ਕੇ ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਨੇ ਦੱਸਿਆ ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨਾ ਵੇਚਣ ਵਿੱਚ ਮੁਸ਼ਕਲ ਪੇਸ਼ ਆ ਰਹੀ ਹੈ ਕਿਉਂਕਿ ਆੜ੍ਹਤੀਆਂ ਵੱਲੋਂ ਕਿਸਾਨਾਂ ਨੂੰ ਕਿਹਾ ਜਾ ਰਿਹਾ ਹੈ ਕਿ ਸਰਕਾਰ ਦਾ ਖਰੀਦ ਦਾ ਟੀਚਾ ਪੂਰਾ ਹੋ ਜਾਣ ਕਾਰਨ ਸਰਕਾਰ ਵੱਲੋਂ ਖਰੀਦ ਬੰਦ ਕਰ ਦਿੱਤੀ ਗਈ ਹੈ।
ਉਹਨਾਂ ਕਿਹਾ ਕਿ ਕੁਝ ਮੰਡੀਆਂ ਵਿੱਚ ਬਾਰਦਾਨਾ ਮੁਹਈਆ ਨਹੀਂ ਕਰਵਾਇਆ ਜਾ ਰਿਹਾ ਅਤੇ ਕੁਝ ਮੰਡੀਆਂ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਦੱਸ ਕੇ ਕਈ-ਕਈ ਦਿਨਾਂ ਤੋਂ ਖਰੀਦ ਨਹੀਂ ਕੀਤੀ ਜਾ ਰਹੀ। ਉਹਨਾਂ ਲਿਖਿਆ ਹੈ ਕਿ ਸੀਜਨ ਦੇ ਪਹਿਲੇ ਦਿਨ ਤੋਂ ਹੀ ਸਰਕਾਰ ਕਹਿ ਰਹੀ ਹੈ ਕਿ ਝੋਨਾ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ, ਇਸ ਕਰਕੇ ਖਰੀਦ ਬੰਦ ਨਹੀਂ ਕਰਨੀ ਚਾਹੀਦੀ।
ਉਹਨਾਂ ਲਿਖਿਆ ਹੈ ਕਿ ਖੇਤੀਬਾੜੀ ਵਿਭਾਗ ਦੇ ਸਰਵੇ ਅਨੁਸਾਰ ਝਾੜ ਵਿੱਚ ਵਾਧਾ ਹੋਇਆ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਕਿਹਾ ਜਾ ਰਿਹਾ ਹੈ ਪਿਛਲੇ ਸਾਲਾਂ ਦੇ ਸੀਜਨਾਂ ਦੇ ਝਾੜ ਮੁਤਾਬਕ ਖਰੀਦ ਕੀਤੀ ਜਾਵੇਗੀ ਜਦ ਕਿ ਇਸ ਸਾਲ ਝਾੜ ਜਿਆਦਾ ਹੈ। ਪਿਛਲੇ ਸੀਜ਼ਨ ਵਿੱਚ ਤਾਂ ਹੜ੍ਹਾਂ ਅਤੇ ਬਿਮਾਰੀਆਂ ਕਾਰਨ ਫਸਲ ਘੱਟ ਹੁੰਦੀ ਰਹੀ।
ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਨਿਰਵਿਘਨ ਖਰੀਦ ਕੀਤੀ ਜਾਵੇ ਕਿਉਂਕਿ ਜੇਕਰ ਕਿਸਾਨ ਨੂੰ ਮੰਡੀਆਂ ਵਿੱਚ ਵਾਧੂ ਟਾਈਮ ਲੱਗੇਗਾ ਤਾਂ ਕਣਕ ਦੀ ਬਿਜਾਈ ਵੀ ਲੇਟ ਹੋਵੇਗੀ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਖਾਦ ਅਤੇ ਹੋਰ ਖਾਦਾਂ ਦਾ ਪ੍ਰਬੰਧ ਕਰਨ ਲਈ ਵਾਧੂ ਪਰੇਸ਼ਾਨ ਹੋਣਾ ਪੈ ਰਿਹਾ ਹੈ। ਉਪਰੋਕਤ ਮੰਗਾਂ ਤੇ ਤੁਰੰਤ ਧਿਆਨ ਦਿੱਤਾ ਜਾਵੇ ਕਿਸੇ ਵੀ ਦਾਣਾ ਮੰਡੀ ਵਿੱਚ ਖਰੀਦ ਬੰਦ ਨਾ ਕੀਤੀ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਹਰ ਸਿੰਘ ਥੇੜੀ ਪ੍ਰੈਸ ਸਕੱਤਰ ਪੰਜਾਬ, ਹਕੀਕਤ ਸਿੰਘ ਘੜੂੰਆਂ ਜ਼ਿਲ੍ਹਾ ਪ੍ਰੈਸ ਸਕੱਤਰ, ਬਹਾਦਰ ਸਿੰਘ ਨਿਆਮੀਆਂ ਜ਼ਿਲ੍ਹਾ ਜਨਰਲ ਸਕੱਤਰ, ਕੁਲਦੀਪ ਸਿੰਘ ਜਲਾਲਪੁਰ ਬਲਾਕ ਡੇਰਾਬੱਸੀ, ਜਰਨੈਲ ਸਿੰਘ ਦਿਆਲਪੁਰਾ ਬਲਾਕ ਪ੍ਰਧਾਨ ਡੇਰਾਬੱਸੀ, ਬਲਵਿੰਦਰ ਸਿੰਘ ਮਲਕਪੁਰ ਡੇਰਾਬੱਸੀ, ਪ੍ਰੇਮ ਸਿੰਘ ਮੀਰਪੁਰ ਡੇਰਾਬੱਸੀ, ਤਲਵਿੰਦਰ ਸਿੰਘ ਡੇਰਾਬੱਸੀ ਹਾਜ਼ਰ ਸਨ।
-
International2 months ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
National2 months agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
International2 months ago
ਇਰਾਨ ਵੱਲੋਂ ਜਾਰਡਨ ਵਿੱਚ ਅਮਰੀਕੀ ਏਅਰਬੇਸ ਤੇ ਮਿਜ਼ਾਈਲ ਹਮਲਾ, ਕਈ ਲੜਾਕੂ ਜਹਾਜ਼ ਨੁਕਸਾਨੇ
-
Editorial1 month agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
International2 months ago
ਛੇ ਸਾਲਾਂ ਦੀ ਮੁਅੱਤਲੀ ਤੋਂ ਬਾਅਦ ਗੁਆਂਗਜ਼ੂ-ਦਿੱਲੀ ਉਡਾਣਾਂ ਮੁੜ ਸ਼ੁਰੂ ਹੋਣਗੀਆਂ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
