Connect with us

Mohali

ਨਗਰ ਨਿਗਮ ਵਿੱਚ ਸ਼ਾਮਲ ਇਲਾਕੇ ਦੇ ਲੋਕ ਬੁਨਿਆਦੀ ਸਹੂਲਤਾਂ ਤੋਂ ਵਾਂਝੇ : ਕੁਲਜੀਤ ਸਿੰਘ ਬੇਦੀ

Published

on

ਨਿਗਮ ਕਮਿਸ਼ਨਰ ਨੂੰ ਪੱਤਰ ਦੇ ਕੇ ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਦੀ ਮੰਗ ਕੀਤੀ

ਐਸ ਏ ਐਸ ਨਗਰ, 9 ਜੁਲਾਈ (ਸ.ਬ.) ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਨਗਰ ਨਿਗਮ ਵਿੱਚ ਸ਼ਾਮਲ ਕੀਤੇ ਗਏ ਪਿੰਡਾਂ ਦੇ ਲੋਕ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ ਅਤੇ ਉਹਨਾਂ ਦੀਆਂ ਸਮੱਸਿਆਵਾਂ ਸੁਣਨ ਵਾਲਾ ਕੋਈ ਨਹੀਂ ਹੈ। ਇਸ ਸੰਬੰਧੀ ਉਹਨਾਂ ਨਗਰ ਨਿਗਮ ਦੀ ਹੱਦ ਵਿੱਚ ਸ਼ਾਮਲ ਕੀਤੇ ਗਏ ਪਿੰਡਾਂ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹਲ ਕਰਨ ਦੀ ਮੰਗ ਕਰਦਿਆਂ ਨਗਰ ਨਿਗਮ ਕਮਿਸ਼ਨਰ ਨੂੰ ਪੱਤਰ ਸੌਂਪਿਆ ਹੈ।

ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਨਗਰ ਨਿਗਮ ਦੀ ਹੱਦ ਵਿੱਚ ਸ਼ਾਮਲ ਕੀਤੇ ਗਏ ਪਿੰਡਾਂ ਨੂੰ ਤੁਰੰਤ ਨਗਰ ਨਿਗਮ ਵੱਲੋਂ ਟੇਕਓਵਰ ਕਰਕੇ ਵਿਕਾਸ ਕਾਰਜਾਂ ਲਈ ਲੋੜੀਂਦੇ ਫੰਡ ਜਾਰੀ ਕੀਤੇ ਜਾਣ। ਉਨ੍ਹਾਂ ਇਸ ਪੱਤਰ ਦੀਆਂ ਕਾਪੀਆਂ ਸਕੱਤਰ, ਲੋਕਲ ਗਵਰਨਮੈਂਟ ਵਿਭਾਗ, ਪੰਜਾਬ ਅਤੇ ਚੀਫ਼ ਐਡਮਿਨਿਸਟਰੇਟਰ, ਗਮਾਡਾ ਨੂੰ ਵੀ ਭੇਜੀਆਂ ਹਨ।

ਉਹਨਾਂ ਕਿਹਾ ਕਿ ਸਰਕਾਰ ਵੱਲੋਂ ਨਗਰ ਨਿਗਮ ਵਿੱਚ ਸ਼ਾਮਲ ਕੀਤੇ ਜਾਣ ਤੋਂ ਬਾਅਦ ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਭੰਗ ਕਰ ਦਿੱਤੀਆਂ ਗਈਆਂ, ਪਰ ਅਜੇ ਤੱਕ ਪ੍ਰਸ਼ਾਸਨਿਕ ਪੱਧਰ ਤੇ ਸਥਿਤੀ ਸਪੱਸ਼ਟ ਨਹੀਂ ਹੋ ਸਕੀ। ਇਸ ਕਾਰਨ ਬਲੌਂਗੀ, ਬਲੋਮਾਜਰਾ, ਬਲਿਆਲੀ, ਚੱਪੜਚਿੜੀ ਖੁਰਦ, ਚੱਪੜਚਿੜੀ ਕਲਾਂ, ਲਖਨੌਰ, ਸੁਖਗੜ, ਸੰਭਾਲਕੀ, ਨਾਨੂ ਮਾਜਰਾ, ਰੁੜਕਾਂ, ਚਿੱਲਾ ਅਤੇ ਹੋਰ ਸ਼ਾਮਲ ਪਿੰਡਾਂ ਦੇ ਨਾਲ-ਨਾਲ ਆਈ ਟੀ ਸਿਟੀ (ਸੈਕਟਰ-82), ਟੀ. ਡੀ. ਆਈ. ਅਤੇ ਏਰੋਸਿਟੀ ਨਾਲ ਸਬੰਧਤ ਇਲਾਕਿਆਂ ਦੇ ਲੋਕ ਬੁਨਿਆਦੀ ਸਹੂਲਤਾਂ ਲਈ ਖੱਜਲ-ਖੁਆਰ ਹੋ ਰਹੇ ਹਨ।

ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਵਿੱਚ ਸਫ਼ਾਈ ਪ੍ਰਬੰਧ, ਸੀਵਰੇਜ, ਕੂੜਾ ਚੁੱਕਣ ਅਤੇ ਹੋਰ ਨਾਗਰਿਕ ਸਹੂਲਤਾਂ ਦੀ ਘਾਟ ਕਾਰਨ ਲੋਕਾਂ ਨੂੰ ਰੋਜ਼ਾਨਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਚਾਇਤਾਂ ਭੰਗ ਹੋਣ ਕਾਰਨ ਲੋਕਾਂ ਨੂੰ ਇਹ ਵੀ ਸਮਝ ਨਹੀਂ ਆ ਰਹੀ ਕਿ ਆਪਣੀਆਂ ਸਮੱਸਿਆਵਾਂ ਦਾ ਹੱਲ ਕਿਸ ਵਿਭਾਗ ਕੋਲ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਕੋਲ ਵੀ ਲੋੜੀਂਦੇ ਫੰਡ ਅਤੇ ਅਧਿਕਾਰ ਨਾ ਹੋਣ ਕਰਕੇ ਚੁਣੇ ਹੋਏ ਨੁਮਾਇੰਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਵਿੱਚ ਅਸਮਰੱਥ ਹਨ।

ਬੇਦੀ ਨੇ ਕਿਹਾ ਕਿ ਸਰਕਾਰ ਵੱਲੋਂ ਨਗਰ ਨਿਗਮ ਵਿੱਚ ਸ਼ਾਮਲ ਇਲਾਕਿਆਂ ਲਈ ਫੰਡ ਮੁਹੱਈਆ ਕਰਵਾਉਣ ਅਤੇ ਗਮਾਡਾ ਤੇ ਨਗਰ ਨਿਗਮ ਵਿਚਕਾਰ ਕੰਮਾਂ ਦੀ ਜ਼ਿੰਮੇਵਾਰੀ ਤੈਅ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਕਈ ਮਹੀਨੇ ਬੀਤਣ ਦੇ ਬਾਵਜੂਦ ਇਸ ਸਬੰਧੀ ਕੋਈ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਇਸ ਕਾਰਨ ਪਿੰਡਾਂ ਦੇ ਲੋਕਾਂ ਵਿੱਚ ਨਿਰਾਸ਼ਾ ਵਧ ਰਹੀ ਹੈ ਅਤੇ ਉਹ ਆਪਣੇ ਆਪ ਨੂੰ ਪ੍ਰਸ਼ਾਸਨਿਕ ਭੰਬਲਭੂਸੇ ਵਿੱਚ ਫਸਿਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਨਗਰ ਨਿਗਮ ਵਿੱਚ ਸ਼ਾਮਲ ਸਾਰੇ ਪਿੰਡਾਂ ਨੂੰ ਤੁਰੰਤ ਟੇਕਓਵਰ ਕਰਕੇ ਵਿਕਾਸ ਲਈ ਲੋੜੀਂਦੇ ਫੰਡ ਜਾਰੀ ਕੀਤੇ ਜਾਣ। ਇਸ ਦੇ ਨਾਲ ਸਫ਼ਾਈ, ਸੀਵਰੇਜ, ਸੜਕਾਂ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਜਲਦ ਬਹਾਲ ਕੀਤਾ ਜਾਵੇ। ਉਹਨਾਂ ਕਿਹਾ ਕਿ ਗਮਾਡਾ ਅਤੇ ਨਗਰ ਨਿਗਮ ਵਿਚਕਾਰ ਜ਼ਿੰਮੇਵਾਰੀਆਂ ਨੂੰ ਸਪੱਸ਼ਟ ਕਰਕੇ ਚੁਣੇ ਹੋਏ ਨੁਮਾਇੰਦਿਆਂ ਨੂੰ ਵਿਕਾਸ ਕਾਰਜ ਕਰਵਾਉਣ ਲਈ ਲੋੜੀਂਦਾ ਪ੍ਰਸ਼ਾਸਨਿਕ ਸਹਿਯੋਗ ਅਤੇ ਫੰਡ ਮੁਹੱਈਆ ਕਰਵਾਉਣੇ ਸਮੇਂ ਦੀ ਲੋੜ ਹਨ।

ਉਨ੍ਹਾਂ ਕਿਹਾ ਕਿ ਮੁਹਾਲੀ ਇੱਕ ਤੇਜ਼ੀ ਨਾਲ ਵਿਕਸਤ ਹੋ ਰਿਹਾ ਸ਼ਹਿਰ ਹੈ ਅਤੇ ਏਅਰਪੋਰਟ ਨਾਲ ਲੱਗਦੇ ਇਹ ਇਲਾਕੇ ਵੀ ਇਸ ਦਾ ਅਹਿਮ ਹਿੱਸਾ ਹਨ। ਅਜਿਹੇ ਵਿੱਚ ਇੱਥੋਂ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਰੱਖਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਉਨ੍ਹਾਂ ਉਮੀਦ ਜਤਾਈ ਕਿ ਸਰਕਾਰ ਅਤੇ ਪ੍ਰਸ਼ਾਸਨ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇ ਕੇ ਲੋਕਾਂ ਨੂੰ ਰਾਹਤ ਪ੍ਰਦਾਨ ਕਰਨਗੇ।

Continue Reading

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending