Connect with us

Punjab

ਆਪ ਸਰਕਾਰ ਵਲੋਂ ਘੱਗਰ ਪ੍ਰਤੀ ਅਣਗਹਿਲੀ ਬਣ ਸਕਦੀ ਹੈ ਵੱਡੀ ਤਬਾਹੀ ਦਾ ਕਾਰਨ : ਸਰਬਜੀਤ ਸਿੰਘ ਝਿੰਜਰ

Published

on

ਘਨੌਰ, 11 ਜੁਲਾਈ (ਸ.ਬ.) ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਘਨੌਰ ਹਲਕਾ ਇੰਚਾਰਜ ਸਰਬਜੀਤ ਸਿੰਘ ਝਿੰਜਰ ਨੇ ਆਪ ਸਰਕਾਰ ਤੇ ਘੱਗਰ ਦਰਿਆ ਦੀ ਸਫ਼ਾਈ ਅਤੇ ਇਸ ਦੇ ਕੰਢਿਆਂ ਤੇ ਪਏ ਪਾੜਾਂ ਨੂੰ ਠੀਕ ਕਰਨ ਵਿੱਚ ਅਣਗਹਿਲੀ ਵਰਤਣ ਅਤੇ ਪ੍ਰਸ਼ਾਸਨਿਕ ਲਾਪਰਵਾਹੀ ਦਾ ਦੋਸ਼ ਲਗਾਉਂਦਿਆਂ ਚਿਤਾਵਨੀ ਦਿੱਤੀ ਹੈ ਕਿ ਸਰਕਾਰ ਦੇ ਇਸ ਰਵਈਏ ਕਾਰਨ ਇਸ ਖੇਤਰ ਵਿੱਚ ਵੱਡੀ ਤਬਾਹੀ ਹੋ ਸਕਦੀ ਹੈ।

ਐਸ ਜੀ ਪੀ ਸੀ ਮੈਂਬਰ ਜਸਮੇਰ ਸਿੰਘ ਲਾਛੜੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਆਗੂਆਂ ਦੇ ਨਾਲ ਘਨੌਰ ਵਿੱਚ ਘੱਗਰ ਦਰਿਆ ਦੇ ਕੰਢੇ ਮੀਡੀਆ ਨਾਲ ਗੱਲਬਾਤ ਕਰਦਿਆਂ ਝਿੰਜਰ ਨੇ ਕਿਹਾ ਕਿ ਇਸ ਸਾਲ ਕਿਸਾਨਾਂ ਨੂੰ ਪਹਿਲਾਂ ਝੋਨੇ ਦੀ ਲੁਆਈ ਲਈ ਬਾਰਿਸ਼ ਅਤੇ ਪਾਣੀ ਦੀ ਘਾਟ ਦਾ ਸਾਹਮਣਾ ਕਰਨਾ ਪਿਆ। ਇਸਦੇ ਨਾਲ ਹੀ ਬਿਜਲੀ ਦੀ ਕਿੱਲਤ ਦੌਰਾਨ ਉਨ੍ਹਾਂ ਨੂੰ ਸਿੰਚਾਈ ਲਈ ਜਨਰੇਟਰਾਂ ਤੇ ਨਿਰਭਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਹੁਣੇ ਪਈ ਹਲਕੀ ਬਾਰਿਸ਼ ਨੇ ਸਰਕਾਰ ਦੀ ਅਣਗਹਿਲੀ ਅਤੇ ਨਾਕਾਮੀ ਨੂੰ ਬੇਪਰਦ ਕਰ ਦਿੱਤਾ ਹੈ।

ਉਹਨਾਂ ਕਿਹਾ ਕਿ ਇਹ ਬਹੁਤ ਹੀ ਥੋੜ੍ਹੇ ਸਮੇਂ ਦੀ ਬਾਰਿਸ਼ ਹੈ ਅਤੇ ਘੱਗਰ ਦੇ ਪਾਣੀ ਦਾ ਪੱਧਰ ਅਜੇ ਸਿਰਫ਼ 25-30 ਫ਼ੀਸਦੀ ਹੀ ਹੈ। ਪਰੰਤੂ ਇਸ ਪੱਧਰ ਤੇ ਵੀ 2021 ਅਤੇ 2023 ਦੇ ਹੜ੍ਹਾਂ ਵੇਲੇ ਪਏ ਪਾੜਾਂ ਰਾਹੀਂ ਪਾਣੀ ਕਿਸਾਨਾਂ ਦੇ ਖੇਤਾਂ ਵਿੱਚ ਵੜਨਾ ਸ਼ੁਰੂ ਹੋ ਗਿਆ ਹੈ, ਜਿਨ੍ਹਾਂ ਪਾੜਾਂ ਨੂੰ ਸਰਕਾਰ ਨੇ ਕਦੇ ਠੀਕ ਕਰਨ ਦੀ ਖੇਚਲ ਹੀ ਨਹੀਂ ਕੀਤੀ।

ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਦਰਿਆ ਦੇ ਕੰਢਿਆਂ ਦੀ ਮੁਰੰਮਤ ਤੇ ਕਰੋੜਾਂ ਰੁਪਏ ਖਰਚਣ ਦੇ ਦਾਅਵਿਆਂ ਦੇ ਬਾਵਜੂਦ ਘੱਗਰ ਅਜੇ ਵੀ ਗੰਦਾ ਪਿਆ ਹੈ ਅਤੇ ਪਾੜ ਵੀ ਠੀਕ ਨਹੀਂ ਕੀਤੇ ਗਏ। ਉਹਨਾਂ ਕਿਹਾ ਕਿ ਉਹ ਪਿਛਲੇ ਛੇ ਮਹੀਨਿਆਂ ਤੋਂ ਇਨ੍ਹਾਂ ਅਣਮੁਰੰਮਤ ਪਾੜਾਂ ਦਾ ਮੁੱਦਾ ਚੁੱਕ ਰਹੇ ਹਨ , ਪਰ ਸਰਕਾਰ ਨੇ ਇਨ੍ਹਾਂ ਨੂੰ ਠੀਕ ਕਰਨ ਲਈ ਕੁਝ ਵੀ ਨਹੀਂ ਕੀਤਾ। ਇਹ ਪਾੜ ਪਿਛਲੇ ਹੜ੍ਹਾਂ ਤੋਂ ਹੀ ਖੁੱਲ੍ਹੇ ਪਏ ਸਨ, ਅਤੇ ਹੁਣ ਇਹ ਥੋੜ੍ਹੀ ਜਿਹੀ ਬਾਰਿਸ਼ ਵੀ ਇਨ੍ਹਾਂ ਪਾੜਾਂ ਰਾਹੀਂ ਖੇਤਾਂ ਵਿੱਚ ਪਾਣੀ ਵੜਨ ਲਈ ਕਾਫ਼ੀ ਹੈ।

ਉਨ੍ਹਾਂ ਚਿਤਾਵਨੀ ਦਿੱਤੀ ਕਿ ਇਸ ਹਲਕੀ ਬਾਰਿਸ਼ ਨੇ ਵੀ ਜ਼ਮੀਨੀ ਹਾਲਾਤ ਨੂੰ ਵਿਗਾੜ ਦਿੱਤਾ ਹੈ ਜਦੋਂਕਿ ਆਉਣ ਵਾਲੇ ਦਿਨਾਂ ਵਿੱਚ ਬਾਰਿਸ਼ ਵਧਣ ਦੀ ਸੰਭਾਵਨਾ ਹੈ। ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਇਹ ਪਾੜ ਸਮੇਂ ਸਿਰ ਠੀਕ ਕੀਤੇ ਹੁੰਦੇ, ਤਾਂ ਕਿਸਾਨਾਂ ਨੂੰ 25-30 ਫ਼ੀਸਦੀ ਪਾਣੀ ਦੇ ਪੱਧਰ ਤੇ ਵੀ ਇਹ ਖ਼ਤਰਾ ਨਾ ਝੱਲਣਾ ਪੈਂਦਾ। ਉਹਨਾਂ ਕਿਹਾ ਕਿ ਸਰਕਾਰ ਨੂੰ ਤਿਆਰ ਰਹਿਣਾ ਚਾਹੀਦਾ ਹੈ, ਕਿਉਂਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਹਾਲਾਤ ਹੋਰ ਵਿਗੜਦੇ ਹਨ, ਤਾਂ ਘੱਗਰ ਪੱਟੀ ਵਿੱਚ ਕਿਸੇ ਵੀ ਦੁਖਾਂਤ ਲਈ ਆਪ ਸਰਕਾਰ ਸਿੱਧੇ ਤੌਰ ਤੇ ਜ਼ਿੰਮੇਵਾਰ ਹੋਵੇਗੀ।

ਇਸ ਮੌਕੇ ਜਸਮੇਰ ਸਿੰਘ ਲਾਛੜੂ ਨੇ ਕਿਹਾ ਕਿ ਵਾਰ-ਵਾਰ ਅਪੀਲਾਂ ਦੇ ਬਾਵਜੂਦ ਘੱਗਰ ਦੀ ਸਫ਼ਾਈ ਨਹੀਂ ਹੋਈ। ਉਹਨਾਂ ਵਲੋਂ ਪ੍ਰਸ਼ਾਸਨ ਨੂੰ ਸਫ਼ਾਈ ਕਰਵਾਉਣ ਦੀ ਬੇਨਤੀ ਕੀਤੀ ਗਈ ਹੈ, ਪਰ ਹਾਲੇ ਤੱਕ ਦਰਿਆ ਦੀ ਸਫ਼ਾਈ ਲਈ ਕੁਝ ਵੀ ਨਹੀਂ ਕੀਤਾ ਗਿਆ।

ਆਗੂਆਂ ਨੇ ਮੌਨਸੂਨ ਦੇ ਜ਼ੋਰ ਫੜਨ ਤੋਂ ਪਹਿਲਾਂ ਦਰਿਆ ਦੀ ਸਫ਼ਾਈ ਅਤੇ ਲੰਬੇ ਸਮੇਂ ਤੋਂ ਲਟਕਦੇ ਪਾੜਾਂ ਨੂੰ ਠੀਕ ਕਰਨ ਲਈ ਸੂਬਾ ਸਰਕਾਰ ਤੋਂ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ, ਅਤੇ ਚਿਤਾਵਨੀ ਦਿੱਤੀ ਕਿ ਜੇਕਰ ਇਹ ਮੁੱਦੇ ਹੱਲ ਨਾ ਕੀਤੇ ਗਏ ਤਾਂ ਖੇਤਰ ਵਿੱਚ ਹੜ੍ਹ ਅਤੇ ਖੇਤੀਬਾੜੀ ਜ਼ਮੀਨ ਨੂੰ ਵੱਡੇ ਪੱਧਰ ਤੇ ਨੁਕਸਾਨ ਹੋ ਸਕਦਾ ਹੈ।

Continue Reading

Chandigarh

ਰਾਹੁਲ ਗਾਂਧੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਵਲੋਂ ਕੀਤਾ ਜਾਵੇਗਾ ਪੰਜਾਬ ਦਾ ਦੌਰਾ

Published

on

By

ਦੋਆਬਾ ਖੇਤਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ ਪ੍ਰਿਅੰਕਾ ਗਾਂਧੀ

ਚੰਡੀਗੜ੍ਹ, 7 ਨਵੰਬਰ (ਸ.ਬ.) ਕਾਂਗਰਸ ਪਾਰਟੀ ਨੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਤੋਂ ਬਾਅਦ, ਹੁਣ ਪ੍ਰਿਅੰਕਾ ਗਾਂਧੀ ਵੀ ਸੂਬੇ ਦਾ ਦੌਰਾ ਕਰਨ ਆ ਰਹੇ ਹਨ। ਪ੍ਰਿਅੰਕਾ ਗਾਂਧੀ ਦੋਆਬਾ ਖੇਤਰ ਵਿੱਚ ਇੱਕ ਰੈਲੀ ਕਰਨਗੇ। ਇਸ ਸਮਾਗਮ ਦੀ ਮਿਤੀ ਅਤੇ ਸਥਾਨ ਬਾਰੇ ਫ਼ੈਸਲਾ ਅਜੇ ਲਿਆ ਜਾ ਰਿਹਾ ਹੈ। ਪਾਰਟੀ ਸੂਤਰਾਂ ਅਨੁਸਾਰ, ਉਨ੍ਹਾਂ ਦੇ ਪੰਜਾਬ ਦੌਰੇ ਦਾ ਪ੍ਰੋਗਰਾਮ ਨਵੰਬਰ ਦੇ ਤੀਜੇ ਹਫ਼ਤੇ ਤੋਂ ਬਾਅਦ ਕਿਸੇ ਵੀ ਸਮੇਂ ਜਾਰੀ ਕੀਤਾ ਜਾ ਸਕਦਾ ਹੈ।

ਮੰਨਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਤਿਆਰ ਕੀਤੀ ਗਈ ਰਣਨੀਤੀ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਉਹ ਚਾਹੁੰਦੇ ਹਨ ਕਿ ਪਾਰਟੀ ਵਰਕਰਾਂ ਦਾ ਉਤਸ਼ਾਹ ਬਣਿਆ ਰਹੇ ਅਤੇ ਸੀਨੀਅਰ ਆਗੂ ਇੱਕੋ ਮੰਚ ਤੇ ਇਕੱਠੇ ਨਜ਼ਰ ਆਉਣ, ਜਿਸ ਲਈ ਉਹ ਚਾਹੁੰਦੇ ਹਨ ਕਿ ਕੇਂਦਰੀ ਆਗੂ ਅਕਸਰ ਪੰਜਾਬ ਦਾ ਦੌਰਾ ਕਰਦੇ ਰਹਿਣ। ਇਸ ਸੰਬੰਧੀ ਜਦੋਂ ਪਾਇਲਟ ਨੇ ਪ੍ਰਿਅੰਕਾ ਗਾਂਧੀ ਨੂੰ ਪੰਜਾਬ ਆਉਣ ਦੀ ਬੇਨਤੀ ਕੀਤੀ, ਤਾਂ ਉਨ੍ਹਾਂ ਨੇ ਇਸ ਲਈ ਸਹਿਮਤੀ ਦੇ ਦਿੱਤੀ। ਹਾਲਾਂਕਿ ਨਵੰਬਰ ਦੇ ਪੂਰੇ ਮਹੀਨੇ ਦੌਰਾਨ ਉੱਤਰ ਪ੍ਰਦੇਸ਼ ਵਿੱਚ ਉਨ੍ਹਾਂ ਦੇ ਪ੍ਰੋਗਰਾਮਾਂ ਦੀ ਰੁਝੇਵੇਂ ਭਰੀ ਸੂਚੀ ਹੈ, ਫਿਰ ਵੀ ਉਹ ਇਸ ਵਿੱਚੋਂ ਸਮਾਂ ਕੱਢ ਕੇ ਪੰਜਾਬ ਦਾ ਦੌਰਾ ਕਰਨਗੇ।

ਇਸਦੇ ਨਾਲ ਹੀ ਇਹ ਵੀ ਖਬਰ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ, ਕਾਂਗਰਸ ਵਲੋਂ ਵੀ ਆਪਣੇ 50 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਂਡ ਇੱਕ ਅਜਿਹੀ ਰਣਨੀਤੀ ਤੇ ਕੰਮ ਕਰ ਰਹੀ ਹੈ ਜਿਸ ਤਹਿਤ ਉਮੀਦਵਾਰਾਂ ਦਾ ਐਲਾਨ ਕਾਫ਼ੀ ਪਹਿਲਾਂ ਕਰ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਕੋਲ ਆਪਣੇ ਸਬੰਧਤ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਅਤੇ ਲੋਕਾਂ ਨਾਲ ਜੁੜਨ ਲਈ ਲੋੜੀਂਦਾ ਸਮਾਂ ਹੋਵੇ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ 1 ਨਵੰਬਰ ਨੂੰ ਦਿੱਲੀ ਵਿੱਚ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਲਗਭਗ 50 ਸੀਟਾਂ ਲਈ ਸੰਭਾਵੀ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ, ਹਾਲਾਂਕਿ ਕਿਸੇ ਵੀ ਨਾਮ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ।

ਕਾਂਗਰਸ ਹਾਈ ਕਮਾਂਡ ਨੇ ਉਮੀਦਵਾਰਾਂ ਦੀ ਜਿੱਤ ਦੀ ਸੰਭਾਵਨਾ ਦਾ ਜਾਇਜ਼ਾ ਲੈਣ ਲਈ ਇੱਕ ਨਵਾਂ ਸਰਵੇਖਣ ਵੀ ਸ਼ੁਰੂ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪਾਰਟੀ ਕੋਲ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰ ਤਿਆਰ ਹਨ ਅਤੇ ਕਾਂਗਰਸ ਕਿਸੇ ਵੀ ਸਮੇਂ ਇਨ੍ਹਾਂ ਨਾਵਾਂ ਦਾ ਐਲਾਨ ਕਰ ਸਕਦੀ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Latest News

Trending