Chandigarh
ਭਾਈ ਜਗਤਾਰ ਸਿੰਘ ਹਵਾਰਾ ਨੂੰ ਬਿਮਾਰ ਮਾਤਾ ਨਾਲ ਮਿਲਣ ਲਈ ਤੁਰੰਤ ਪੈਰੋਲ ਦਿੱਤੀ ਜਾਵੇ : ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ
ਪੰਥ ਅਤੇ ਪੰਜਾਬ ਦੇ ਅਹਿਮ ਮੁੱਦਿਆਂ ਸਬੰਧੀ ਰਾਜਪਾਲ ਨੂੰ ਮੈਮੋਰੰਡਮ ਸੌਂਪਿਆ
ਚੰਡੀਗੜ੍ਹ, 29 ਜੁਲਾਈ (ਸ.ਬ.) ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਅਤੇ ਪੰਥ ਨਾਲ ਸਬੰਧਤ ਅਹਿਮ ਮੁੱਦਿਆਂ ਨੂੰ ਲੈ ਕੇ ਮਾਨਯੋਗ ਪੰਜਾਬ ਦੇ ਰਾਜਪਾਲ ਨੂੰ ਇੱਕ ਵਿਸਥਾਰਪੂਰਵਕ ਮੈਮੋਰੰਡਮ ਸੌਂਪਿਆ। ਵਫ਼ਦ ਵਿੱਚ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਗਗਨਜੀਤ ਸਿੰਘ ਬਰਨਾਲਾ, ਕਰਨੈਲ ਸਿੰਘ ਪੰਜੋਲੀ, ਸਿਮਰਨਜੀਤ ਸਿੰਘ ਚੰਦੂਮਾਜਰਾ, ਓ ਐਸ ਡੀ ਹਰਦੇਵ ਸਿੰਘ ਹਰਪਾਲਪੁਰ ਸ਼ਾਮਲ ਸਨ।
ਮੈਮੋਰੰਡਮ ਸੌਂਪਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਪਿਛਲੇ ਕਰੀਬ 37 ਸਾਲਾਂ ਤੋਂ ਜੇਲ੍ਹ ਵਿੱਚ ਨਜ਼ਰਬੰਦ ਹਨ ਅਤੇ ਇਸ ਦੌਰਾਨ ਉਨ੍ਹਾਂ ਦੀ ਬਿਰਧ ਅਤੇ ਗੰਭੀਰ ਬਿਮਾਰ ਮਾਤਾ ਨਾਲ ਮਿਲਣ ਦੀ ਇਜਾਜ਼ਤ ਨਾ ਦੇਣਾ ਬਹੁਤ ਹੀ ਗੈਰਮਨੁੱਖੀ ਅਤੇ ਸੰਵੇਦਨਹੀਣ ਰਵੱਈਆ ਹੈ। ਉਨ੍ਹਾਂ ਕਿਹਾ ਕਿ ਜ਼ਿੰਦਗੀ ਦੇ ਅੰਤਿਮ ਪੜਾਅ ਵਿੱਚ ਇੱਕ ਮਾਂ ਦੀ ਆਪਣੇ ਪੁੱਤਰ ਨੂੰ ਮਿਲਣ ਦੀ ਇੱਛਾ ਅਤੇ ਇੱਕ ਪੁੱਤਰ ਦੀ ਆਪਣੀ ਮਾਤਾ ਨਾਲ ਮਿਲਣ ਦੀ ਤੜਪ ਨੂੰ ਅਣਦੇਖਾ ਕਰਨਾ ਮਨੁੱਖੀ ਕਦਰਾਂ ਕੀਮਤਾਂ ਅਤੇ ਸੰਵਿਧਾਨਕ ਸੰਵੇਦਨਸ਼ੀਲਤਾ ਦੇ ਉਲਟ ਹੈ।
ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਵਲੋਂ ਮਨੁੱਖਤਾ ਦੇ ਆਧਾਰ ਤੇ ਭਾਈ ਹਵਾਰਾ ਨੂੰ ਤੁਰੰਤ ਪੈਰੋਲ ਦਿੱਤੀ ਜਾਵੇ ਤਾਂ ਜੋ ਉਹ ਆਪਣੀ ਮਾਤਾ ਨਾਲ ਮਿਲ ਸਕਣ। ਪ੍ਰੋ. ਚੰਦੂਮਾਜਰਾ ਨੇ ਦੱਸਿਆ ਕਿ ਪਿੰਡ ਹਵਾਰਾ ਸਮੇਤ ਇਲਾਕੇ ਦੀਆਂ 100 ਤੋਂ ਵੱਧ ਗ੍ਰਾਮ ਪੰਚਾਇਤਾਂ ਵੱਲੋਂ ਸਰਬਸੰਮਤੀ ਨਾਲ ਮਤੇ ਪਾਸ ਕਰਕੇ ਭਾਈ ਹਵਾਰਾ ਨੂੰ ਪੈਰੋਲ ਦੇਣ ਦੀ ਮੰਗ ਕੀਤੀ ਗਈ ਹੈ।
ਵਫ਼ਦ ਨੇ ਇਹ ਵੀ ਮੰਗ ਕੀਤੀ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਨੂੰ ਤੁਰੰਤ ਉਮਰ ਕੈਦ ਵਿੱਚ ਤਬਦੀਲ ਕੀਤਾ ਜਾਵੇ ਅਤੇ ਲੰਬੇ ਸਮੇਂ ਤੋਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਸਬੰਧੀ ਲਟਕਦੇ ਮਾਮਲਿਆਂ ਦਾ ਜਲਦ ਨਿਪਟਾਰਾ ਕੀਤਾ ਜਾਵੇ। ਇਸ ਤੋਂ ਇਲਾਵਾ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ਵਿੱਚ ਵੀ ਇਨਸਾਫ਼ ਅਤੇ ਕਾਨੂੰਨੀ ਪ੍ਰਕਿਰਿਆ ਨੂੰ ਤੇਜ਼ ਕਰਨ ਦੀ ਮੰਗ ਉਠਾਈ ਗਈ।
ਮੈਮੋਰੰਡਮ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਹੋਰ ਸੁਚਾਰੂ ਅਤੇ ਨਿਰਵਿਘਨ ਖੋਲ੍ਹਣਾ ਅਤੇ ਪੰਜਾਬ ਨਾਲ ਜੁੜੇ ਹੋਰ ਧਾਰਮਿਕ, ਸਮਾਜਿਕ ਅਤੇ ਲੋਕ ਹਿੱਤਾਂ ਦੇ ਮੁੱਦਿਆਂ ਦਾ ਵੀ ਜ਼ਿਕਰ ਕੀਤਾ ਗਿਆ ਹੈ। ਵਫ਼ਦ ਨੇ ਆਸ ਪ੍ਰਗਟਾਈ ਕਿ ਰਾਜਪਾਲ ਇਨ੍ਹਾਂ ਅਹਿਮ ਮਸਲਿਆਂ ਨੂੰ ਗੰਭੀਰਤਾ ਨਾਲ ਕੇਂਦਰ ਸਰਕਾਰ ਦੇ ਧਿਆਨ ਵਿੱਚ ਲਿਆਉਣਗੇ ਅਤੇ ਮਨੁੱਖਤਾ, ਇਨਸਾਫ਼ ਅਤੇ ਸੰਵਿਧਾਨਕ ਕਦਰਾਂ ਦੇ ਮੱਦੇਨਜ਼ਰ ਜਲਦ ਸਕਾਰਾਤਮਕ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਆਪਣਾ ਯੋਗਦਾਨ ਪਾਉਣਗੇ।
Chandigarh
ਆਈ. ਟੀ. ਆਈ. ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਇਲੈਟ੍ਰੀਕਲ ਟਰੇਡ ਵਿੱਚ ਦੇਸ਼ ਭਰ ਵਿੱਚੋਂ ਹਾਸਿਲ ਕੀਤਾ ਪਹਿਲਾ ਸਥਾਨ
ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ
ਚੰਡੀਗੜ੍ਹ, 19 ਨਵੰਬਰ (ਸ.ਬ.) ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚੋਂ ਇਲੈਟ੍ਰੀਕਲ ਟਰੇਡ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮਾਣਮਤੀ ਪ੍ਰਾਪਤੀ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜਸਪ੍ਰੀਤ ਕੌਰ ਅਤੇ ਉਸਦੇ ਇੰਸਟਰੱਕਟਰ ਗੁਰਬਿੰਦਰ ਸਿੰਘ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਜਸਪ੍ਰੀਤ ਕੌਰ ਨੇ ਇਲੈਕਟ੍ਰੀਕਲ ਟਰੇਡ ਵਿੱਚ ਰਾਸ਼ਟਰੀ ਪੱਧਰ ਤੇ ਸਿਖ਼ਰਲਾ ਰੈਂਕ ਪ੍ਰਾਪਤ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਜਸਪ੍ਰੀਤ ਕੌਰ ਦੀ ਇਹ ਪ੍ਰਾਪਤੀ ਸੂਬੇ ਦੇ ਹੋਰ ਵਿਦਿਆਰਥੀਆਂ ਨੂੰ ਵੀ ਪ੍ਰੇਰਿਤ ਕਰੇਗੀ।
ਇਸ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ, ਸ੍ਰੀ ਵਿਕਾਸ ਪ੍ਰਤਾਪ ਨੇ ਕਿਹਾ ਕਿ ਇਹ ਪ੍ਰਾਪਤੀ ਪੂਰੇ ਵਿਭਾਗ ਲਈ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਰਾਜ ਸਰਕਾਰ ਆਈ.ਟੀ.ਆਈਜ਼ . ਨੂੰ ਆਧੁਨਿਕ ਬੁਨਿਆਦੀ ਢਾਂਚੇ, ਉਦਯੋਗ ਨਾਲ ਜੁੜੇ ਕੋਰਸਾਂ ਅਤੇ ਸਮਰਪਿਤ ਸਲਾਹ ਨਾਲ ਲੈਸ ਕਰਕੇ ਲਗਾਤਾਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਨਾ ਸਿਰਫ਼ ਨੌਕਰੀ ਲਈ ਤਿਆਰ ਹੋਣ, ਸਗੋਂ ਸਮੇਂ ਦੇ ਹਾਣੀ ਵੀ ਬਣ ਕੇ ਭਵਿੱਖ ਲਈ ਤਿਆਰ ਹੋ ਸਕਣ।
Chandigarh
ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਸਾਹ ਰੁਕਣ ਦੀ ਪੁਰਾਣੀ ਬਿਮਾਰੀ : ਮਾਹਿਰ
ਚੰਡੀਗੜ੍ਹ, 17 ਨਵੰਬਰ (ਸ.ਬ.) ਪਾਰਕ ਹਸਪਤਾਲ ਦੇ ਸੀਨੀਅਰ ਡਾਕਟਰਾਂ ਡਾ. ਐਸ.ਕੇ. ਗੁਪਤਾ, ਡਾ. ਅਮਨਪ੍ਰੀਤ ਕੌਰ, ਡਾ. ਹਿਤੇਸ਼ ਗੌਰ ਅਤੇ ਡਾ. ਸੁਮਿਤ ਭਾਰਤੀ ਨੇ ਕਿਹਾ ਹੈ ਕਿ ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਸਾਹ ਰੁਕਣ ਦੀ ਪੁਰਾਣੀ ਬਿਮਾਰੀ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਹੈ। ਸਾਹ ਰੁਕਣ ਦੀ ਪੁਰਾਣੀ ਬਿਮਾਰੀ (ਕ੍ਰੋਨਿਕ ਔਬਸਟਰਕਟਿਵ ਪਲਮਨਰੀ ਡਿਜ਼ੀਜ਼) ਦੇ ਵਧਦੇ ਵਿਸ਼ਵਵਿਆਪੀ ਖ਼ਤਰੇ ਤੇ ਚਿੰਤਾ ਪ੍ਰਗਟ ਕਰਦਿਆਂ ਮਾਹਿਰਾਂ ਨੇ ਕਿਹਾ ਕਿ ਹਵਾ ਪ੍ਰਦੂਸ਼ਣ, ਸਿਗਰਟਨੋਸ਼ੀ ਅਤੇ ਹਾਨੀਕਾਰਕ ਗੈਸਾਂ ਤੇ ਧੂੰਏਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਇਸ ਬਿਮਾਰੀ ਦਾ ਖ਼ਤਰਾ ਲਗਾਤਾਰ ਵਧ ਰਿਹਾ ਹੈ।
ਉਹਨਾਂ ਦੱਸਿਆ ਕਿ ਇਹ ਫੇਫੜਿਆਂ ਦੀ ਇੱਕ ਲਗਾਤਾਰ ਵਧਣ ਵਾਲੀ ਬਿਮਾਰੀ ਹੈ, ਜਿਸ ਵਿੱਚ ਸਾਹ ਦੀਆਂ ਨਾਲੀਆਂ ਵਿੱਚ ਰੁਕਾਵਟ ਆਉਣ ਕਾਰਨ ਫੇਫੜਿਆਂ ਵਿੱਚ ਹਵਾ ਦਾ ਆਉਣਾ-ਜਾਣਾ ਪ੍ਰਭਾਵਿਤ ਹੁੰਦਾ ਹੈ ਅਤੇ ਮਰੀਜ਼ ਨੂੰ ਸਾਹ ਲੈਣ ਵਿੱਚ ਲਗਾਤਾਰ ਮੁਸ਼ਕਲ ਆਉਣ ਲੱਗਦੀ ਹੈ। ਉਨ੍ਹਾਂ ਕਿਹਾ ਕਿ ਬਿਮਾਰੀ ਦੇ ਸ਼ੁਰੂਆਤੀ ਪੜਾਅ ਵਿੱਚ ਲੱਛਣ ਹਲਕੇ ਹੋ ਸਕਦੇ ਹਨ ਜਾਂ ਆਸਾਨੀ ਨਾਲ ਪਛਾਣ ਵਿੱਚ ਨਹੀਂ ਆਉਂਦੇ। ਇਸ ਕਾਰਨ ਮਰੀਜ਼ ਨੂੰ ਬਿਮਾਰੀ ਦਾ ਪਤਾ ਨਹੀਂ ਲੱਗਦਾ ਅਤੇ ਇਹ ਹੌਲੀ-ਹੌਲੀ ਗੰਭੀਰ ਰੂਪ ਧਾਰਨ ਕਰ ਸਕਦੀ ਹੈ। ਉਹਨਾਂ ਕਿਹਾ ਕਿ ਬਹੁਤ ਸਾਰੇ ਲੋਕ ਸਾਹ ਚੜ੍ਹਨ ਅਤੇ ਲਗਾਤਾਰ ਖੰਘ ਆਉਣ ਨੂੰ ਵਧਦੀ ਉਮਰ ਦਾ ਆਮ ਲੱਛਣ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਨ ਜਦੋਂਕਿ ਲਗਾਤਾਰ ਖੰਘ, ਸਾਹ ਚੜ੍ਹਨ ਜਾਂ ਸਾਹ ਲੈਣ ਵਿੱਚ ਮੁਸ਼ਕਲ ਹੋਣ ਤੇ ਸਮੇਂ ਸਿਰ ਮਾਹਿਰ ਡਾਕਟਰ ਨਾਲ ਸਲਾਹ ਕਰਨਾ ਬਹੁਤ ਜ਼ਰੂਰੀ ਹੈ।
ਮਾਹਿਰ ਡਾਕਟਰਾਂ ਨੇ ਕਿਹਾ ਕਿ ਇਹ ਬਿਮਾਰੀ ਆਮ ਤੌਰ ਤੇ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਦੇਖੀ ਜਾਂਦੀ ਹੈ, ਖ਼ਾਸ ਕਰਕੇ ਉਨ੍ਹਾਂ ਵਿੱਚ ਜਿਨ੍ਹਾਂ ਨੂੰ ਲੰਬੇ ਸਮੇਂ ਤੋਂ ਸਿਗਰਟਨੋਸ਼ੀ ਕਰਨ ਦੀ ਆਦਤ ਰਹੀ ਹੋਵੇ। ਹਾਲਾਂਕਿ, ਸਿਗਰਟਨੋਸ਼ੀ ਨਾ ਕਰਨ ਵਾਲੇ ਲੋਕ ਵੀ ਹਵਾ ਪ੍ਰਦੂਸ਼ਣ ਅਤੇ ਹੋਰ ਹਾਨੀਕਾਰਕ ਤੱਤਾਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਸੀਓਪੀਡੀ ਦਾ ਸ਼ਿਕਾਰ ਹੋ ਸਕਦੇ ਹਨ।
Chandigarh
ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 16 ਨਵੰਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਕਤੂਬਰ ਮਹੀਨੇ ਵਿੱਚ 11 ਵੱਖ-ਵੱਖ ਟਰੈਪ ਮਾਮਲਿਆਂ ਵਿੱਚ 11 ਸਰਕਾਰੀ ਮੁਲਾਜ਼ਮਾਂ ਅਤੇ 3 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਪਣੇ ਵੱਲੋਂ ਪੂਰੀ ਵਾਹ ਲਾਈ ਹੋਈ ਹੈ।
ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿੱਚ 10 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਇਨਕੁਆਰੀਆਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ 18 ਮੁਲਜ਼ਮਾਂ ਵਿਰੁੱਧ 7 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 14 ਸਰਕਾਰੀ ਕਰਮਚਾਰੀ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਅਤੇ ਲੜੇ ਗਏ ਰਿਸ਼ਵਤਖੋਰੀ ਦੇ ਇੱਕ ਮਾਮਲੇ ਦਾ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਹੈ, ਜਿਸ ਵਿੱਚ ਇੱਕ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ 3 ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।
-
International2 months agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International4 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International1 month agoਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਮਿਲਟਰੀ ਬੇਸ ਤੇ ਅੱਗ ਲੱਗਣ ਕਾਰਨ 4 ਫ਼ੌਜੀ ਜਵਾਨ ਸ਼ਹੀਦ, 39 ਜ਼ਖਮੀ
-
International1 month agoਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ
-
Chandigarh1 month ago
ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਹੋਈ ਪਹਿਲੀ ਗ੍ਰਿਫਤਾਰੀ
