Chandigarh
ਬਸਪਾ ਵਲੋਂ ਪੰਜਾਬ ਅਤੇ ਚੰਡੀਗੜ੍ਹ ਸੰਗਠਨ ਵਿੱਚ ਨਵੀਆਂ ਨਿਯੁਕਤੀਆਂ ਦਾ ਐਲਾਨ
ਚੰਡੀਗੜ੍ਹ, 4 ਅਗਸਤ (ਸ.ਬ.) ਬਹੁਜਨ ਸਮਾਜ ਪਾਰਟੀ (ਬਸਪਾ) ਵਲੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਪਾਰਟੀ ਸੰਗਠਨ ਨੂੰ ਮਜ਼ਬੂਤ ਅਤੇ ਗਤੀਸ਼ੀਲ ਬਣਾਉਣ ਦੇ ਉਦੇਸ਼ ਨਾਲ ਮਹੱਤਵਪੂਰਨ ਸੰਗਠਨਾਤਮਕ ਨਿਯੁਕਤੀਆਂ ਕੀਤੀਆਂ ਗਈਆਂ ਹਨ।
ਬਸਪਾ ਚੰਡੀਗੜ੍ਹ ਲੋਕ ਸਭਾ ਪ੍ਰਭਾਰੀ ਸਰਦਾਰ ਸੁਰਿੰਦਰ ਸਿੰਘ ਖੁੱਡਾ ਨੇ ਦੱਸਿਆ ਕਿ ਪਾਰਟੀ ਹਾਈਕਮਾਨ ਵੱਲੋਂ ਸ਼੍ਰੀ ਰਾਮ ਜੀ ਗੌਤਮ, ਰਾਜ ਸਭਾ ਮੈਂਬਰ, ਨੂੰ ਮੱਧ ਪ੍ਰਦੇਸ਼, ਰਾਜਸਥਾਨ, ਦਿੱਲੀ, ਪੰਜਾਬ, ਚੰਡੀਗੜ੍ਹ, ਹਰਿਆਣਾ ਅਤੇ ਉੱਤਰਾਖੰਡ ਦਾ ਮੁੱਖ ਸੈਕਟਰ ਪ੍ਰਭਾਰੀ ਨਿਯੁਕਤ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਸ਼੍ਰੀ ਵਿਪੁਲ ਕੁਮਾਰ ਨੂੰ ਪੰਜਾਬ ਅਤੇ ਚੰਡੀਗੜ੍ਹ ਦਾ ਕੇਂਦਰੀ ਸਟੇਟ ਪ੍ਰਭਾਰੀ ਨਿਯੁਕਤ ਕੀਤਾ ਗਿਆ ਹੈ। ਉਹ ਰਾਜ ਸਭਾ ਮੈਂਬਰ ਸ਼੍ਰੀ ਰਾਮ ਜੀ ਗੌਤਮ ਦੇ ਦਿਸ਼ਾ-ਨਿਰਦੇਸ਼ ਹੇਠ ਪੰਜਾਬ ਅਤੇ ਚੰਡੀਗੜ੍ਹ ਵਿੱਚ ਸੰਗਠਨ ਦੇ ਵਿਸਥਾਰ, ਜਨ ਸੰਪਰਕ ਮੁਹਿੰਮ, ਮੈਂਬਰਸ਼ਿਪ ਮੁਹਿੰਮ ਅਤੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕੰਮ ਕਰਨਗੇ।
ਇਸ ਤੋਂ ਇਲਾਵਾ ਸ਼੍ਰੀ ਅਵਤਾਰ ਸਿੰਘ ਕਰੀਮਪੁਰੀ (ਸਾਬਕਾ ਰਾਜ ਸਭਾ ਮੈਂਬਰ) ਨੂੰ ਬਸਪਾ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਪੰਜਾਬ ਵਿੱਚ ਬੂਥ ਪੱਧਰ ਤੱਕ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਚੰਡੀਗੜ੍ਹ ਲੋਕ ਸਭਾ ਹਲਕੇ ਵਿੱਚ ਵੀ ਪਾਰਟੀ ਨੂੰ ਹੋਰ ਮਜ਼ਬੂਤੀ ਦੇਣ ਦੀ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ।
ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਨ, ਨਵੇਂ ਵਰਕਰਾਂ ਨੂੰ ਪਾਰਟੀ ਨਾਲ ਜੋੜਨ ਅਤੇ ਬਹੁਜਨ ਸਮਾਜ ਦੀ ਆਵਾਜ਼ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਲਈ ਵਿਸ਼ਾਲ ਪੱਧਰ ਤੇ ਮੁਹਿੰਮ ਚਲਾਈ ਜਾਵੇਗੀ।
Chandigarh
ਸੁਖਬੀਰ ਸਿੰਘ ਬਾਦਲ ਤੇ ਨਾਂਦੇੜ ਸਾਹਿਬ ਵਿਖੇ ਹਮਲਾ, ਜਖਮੀ ਹਾਲਤ ਵਿੱਚ ਹਸਪਤਾਲ ਦਾਖਿਲ ਕਰਵਾਇਆ
ਗੁਰਦੁਆਰਾ ਮਾਤਾ ਸਾਹਿਬ ਕੌਰ ਵਿਖੇ ਦਰਸ਼ਨ ਕਰਨ ਉਪਰੰਤ ਬਾਹਰ ਨਿਕਲਣ ਦੌਰਾਨ ਹੋਇਆ ਹਮਲਾ
ਚੰਡੀਗੜ੍ਹ, 13 ਅਗਸਤ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਮਹਾਰਾਸ਼ਟਰ ਦੇ ਨਾਂਦੇੜ ਸਾਹਿਬ ਵਿਖੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਇਲਾਕੇ ਵਿੱਚ ਗੁਰਦੁਆਰਾ ਮਾਤਾ ਸਾਹਿਬ ਕੌਰ ਵਿਖੇ ਦਰਸ਼ਨ ਕਰਕੇ ਬਾਹਰ ਨਿਕਲਣ ਦੌਰਾਨ ਹਮਲਾ ਕੀਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਨਾਲ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਸਨ। ਇਸ ਦੌਰਾਨ ਨਿਹੰਗ ਬਾਣੇ ਵਿੱਚ ਆਏ ਇੱਕ ਵਿਅਕਤੀ ਨੇ ਕਥਿਤ ਤੌਰ ਉੱਤੇ ਤੇਜ਼ਧਾਰ ਹਥਿਆਰ (ਕ੍ਰਿਪਾਨ) ਨਾਲ ਸੁਖਬੀਰ ਸਿੰਘ ਬਾਦਲ ਤੇ ਅਚਾਨਕ ਹਮਲਾ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਸੁਰੱਖਿਆ ਕਰਮਚਾਰੀ ਅਤੇ ਹੋਰ ਵਿਅਕਤੀ ਵੀ ਜ਼ਖਮੀ ਹੋ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਸੁਖਬੀਰ ਬਾਦਲ ਦੀ ਬਾਂਹ ਤੇ ਸੱਟ ਲੱਗੀ ਹੈ। ਘਟਨਾ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਨਾਂਦੇੜ ਦੇ ਇੱਕ ਨਿੱਜੀ ਹਸਪਤਾਲ (ਯਸ਼ੋਸਾਈ ਹਸਪਤਾਲ) ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਦੇ ਮੁੱਖ ਸੇਵਾਦਾਰ ਤੇਜਾ ਸਿੰਘ ਨੇ ਦੱਸਿਆ ਕਿ ਦੁਪਹਿਰ ਦੇ ਕਰੀਬ ਸੁਖਬੀਰ ਸਿੰਘ ਬਾਦਲ ਹੋਰਨਾਂ ਨਾਲ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਏ ਸਨ। ਜਦੋਂ ਉਹ ਮੱਥਾ ਟੇਕਣ ਤੋਂ ਬਾਅਦ ਗੁਰਦੁਆਰਾ ਸਾਹਿਬ ਤੋਂ ਬਾਹਰ ਆ ਰਹੇ ਸਨ, ਤਾਂ ਸਾਹਮਣੇ ਖੜ੍ਹੇ ਇੱਕ ਬਜ਼ੁਰਗ ਵਿਅਕਤੀ ਨੇ ਤਲਵਾਰ ਨਾਲ ਉਨ੍ਹਾਂ ਉੱਤੇ ਹਮਲਾ ਕਰ ਦਿੱਤਾ। ਉਸ ਨੂੰ ਮੌਕੇ ਤੇ ਹੀ ਗੁਰਦੁਆਰਾ ਪ੍ਰਬੰਧਕਾਂ ਅਤੇ ਸੁਰੱਖਿਆ ਕਰਮਚਾਰੀਆਂ ਨੇ ਕਾਬੂ ਕਰ ਲਿਆ।
ਹਮਲਾਵਰ ਦੀ ਪਛਾਣ ਨਿਹੰਗ ਜਸਪਾਲ ਸਿੰਘ ਵਜੋਂ ਹੋਈ ਹੈ, ਜੋ ਕਿ ਕਾਨੂੰਨ ਦਾ ਗ੍ਰੈਜੂਏਟ ਅਤੇ ਪੇਸ਼ੇ ਵਜੋਂ ਵਕੀਲ ਹੈ। ਉਹ ਪਿਛਲੇ ਡੇਢ ਸਾਲ ਤੋਂ ਗੁਰਦੁਆਰਾ ਸਾਹਿਬ ਵਿਖੇ ਸੇਵਾ ਕਰ ਰਿਹਾ ਸੀ ਅਤੇ ਉਸ ਦਾ ਕੋਈ ਅਪਰਾਧਿਕ ਪਿਛੋਕੜ ਨਹੀਂ ਹੈ।
ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦੇ ਦਿੱਤੇ ਹਨ। ਮੁੱਖ ਮੰਤਰੀ ਨੇ ਖ਼ੁਦ ਸੁਖਬੀਰ ਸਿੰਘ ਬਾਦਲ ਨਾਲ ਫ਼ੋਨ ਤੇ ਗੱਲ ਕਰਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ ਅਤੇ ਨਾਂਦੇੜ ਦੇ ਪੁਲੀਸ ਕਪਤਾਨ ਨੂੰ ਹਮਲੇ ਦੀ ਅਸਲ ਸਾਜ਼ਿਸ਼ ਨੂੰ ਬੇਨਕਾਬ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਹਨ।
Chandigarh
ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ ਮਾਨਵਤਾ ਦੇ ਆਧਾਰ ਤੇ ਦਿੱਤੀ ਜਾਵੇ ਪੈਰੋਲ : ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 12 ਅਗਸਤ (ਸ.ਬ.) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਜਗਤਾਰ ਸਿੰਘ ਹਵਾਰਾ ਨੂੰ ਮਾਨਵਤਾ ਦੇ ਆਧਾਰ ਤੇ 10 ਦਿਨਾਂ ਦੀ ਪੈਰੋਲ ਦੇਣ ਲਈ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ। ਰਾਜਪਾਲ ਨੂੰ ਮਨੁੱਖਤਾ ਦੇ ਆਧਾਰ ਤੇ ਇਸ ਮਾਮਲੇ ਤੇ ਵਿਚਾਰ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਗਤਾਰ ਸਿੰਘ ਹਵਾਰਾ ਪਿਛਲੇ 31 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਦੀ ਮਾਤਾ ਬਿਰਧ ਅਵਸਥਾ ਵਿੱਚ ਹਨ, ਉਮਰ ਨਾਲ ਸਬੰਧਤ ਸਿਹਤ ਸਮੱਸਿਆਵਾਂ ਤੋਂ ਪੀੜਤ ਹਨ ਅਤੇ ਇਸ ਵੇਲੇ ਨੀਮ-ਬੇਹੋਸ਼ੀ ਦੀ ਹਾਲਤ ਵਿੱਚ ਹਨ। ਉਨ੍ਹਾਂ ਦੀ ਵਿਗੜ ਰਹੀ ਸਿਹਤ ਨੂੰ ਦੇਖਦੇ ਹੋਏ ਮੈਂ ਰਾਜਪਾਲ ਨੂੰ ਬੇਨਤੀ ਕੀਤੀ ਹੈ ਕਿ ਉਹ ਜਗਤਾਰ ਸਿੰਘ ਹਵਾਰਾ ਨੂੰ ਛੇਤੀ ਤੋਂ ਛੇਤੀ 10 ਦਿਨਾਂ ਦੀ ਪੈਰੋਲ ਦੇਣ ਤੇ ਹਮਦਰਦੀ ਨਾਲ ਵਿਚਾਰ ਕਰਨ ਤਾਂ ਜੋ ਉਹ ਆਪਣੀ ਮਾਤਾ ਨੂੰ ਮਿਲ ਸਕਣ।
ਮੁੱਖ ਮੰਤਰੀ ਨੇ ਕਿਹਾ ਕਿ 31 ਸਾਲਾਂ ਬਾਅਦ ਉਨ੍ਹਾਂ ਦੀ ਬਿਮਾਰ ਮਾਤਾ ਦੀ ਆਪਣੇ ਪੁੱਤਰ ਨੂੰ ਮਿਲਣ ਦੀ ਉਮੀਦ ਫਿਰ ਤੋਂ ਜਾਗੀ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਰਾਜਪਾਲ ਦੀ ਸਿਫ਼ਾਰਸ਼ ਦੀ ਲੋੜ ਹੈ ਕਿਉਂਕਿ ਕੇਸ ਦੀ ਸੁਣਵਾਈ ਦਿੱਲੀ ਵਿੱਚ ਚੱਲ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜੇਕਰ ਹਵਾਰਾ ਨੂੰ ਪੈਰੋਲ ਦਿੱਤੀ ਜਾਂਦੀ ਹੈ ਤਾਂ ਪੰਜਾਬ ਸਰਕਾਰ ਅਮਨ-ਕਾਨੂੰਨ ਦੀ ਵਿਵਸਥਾ ਤੇ ਕੋਈ ਅਸਰ ਨਾ ਪੈਣ ਨੂੰ ਯਕੀਨੀ ਬਣਾਉਣ ਲਈ ਪੂਰੀ ਜ਼ਿੰਮੇਵਾਰੀ ਲਵੇਗੀ।
ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਪ੍ਰਸ਼ਾਸਕ ਹੋਣ ਦੇ ਨਾਤੇ ਇਸ ਸਬੰਧੀ ਫੈਸਲਾ ਲੈਣ ਲਈ ਰਾਜਪਾਲ ਦੀ ਸਿਫ਼ਾਰਸ਼ ਜ਼ਰੂਰੀ ਹੈ। ਇਸ ਲਈ ਮਾਮਲੇ ਦੇ ਮਨੁੱਖੀ ਪਹਿਲੂ ਅਤੇ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਵਿਗੜ ਰਹੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਮੈਂ ਰਾਜਪਾਲ ਨੂੰ ਛੇਤੀ ਤੋਂ ਛੇਤੀ ਫੈਸਲਾ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਮਨ-ਕਾਨੂੰਨ ਨੂੰ ਕਾਇਮ ਰੱਖਣ ਅਤੇ ਪੰਜਾਬ ਵਿੱਚ ਕਰੜੀ ਘਾਲਣਾ ਘਾਲ ਕੇ ਹਾਸਲ ਕੀਤੀ ਸ਼ਾਂਤੀ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
Chandigarh
ਪੰਜਾਬ ਵਿੱਚ ਭਲਕੇ ਜਾਰੀ ਹੋਵੇਗੀ ਐਸ ਆਈ ਆਰ ਦੀ ਡਰਾਫਟ ਵੋਟਰ ਸੂਚੀ
ਚੰਡੀਗੜ੍ਹ, 12 ਅਗਸਤ (ਸ.ਬ.) ਪੰਜਾਬ ਵਿੱਚ ਵੋਟਰ ਸੂਚੀ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ ਆਈ ਆਰ) ਦਾ ਪਹਿਲਾ ਦੌਰ ਪੰਜ ਮਹੀਨਿਆਂ ਬਾਅਦ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੂਰਾ ਹੋ ਗਿਆ ਹੈ। ਇਸ ਸੰਬੰਧੀ ਡਰਾਫਟ ਵੋਟਰ ਸੂਚੀ ਕੱਲ੍ਹ, 13 ਅਗਸਤ ਨੂੰ ਜਾਰੀ ਕੀਤੀ ਜਾਵੇਗੀ।
ਪ੍ਰਾਪਤ ਜਾਣਕਾਰੀ ਅਨੁਸਾਰ ਜੂਨ 2026 ਦੀ ਵੋਟਰ ਸੂਚੀ ਵਿੱਚ ਵੱਖ-ਵੱਖ ਕਾਰਨਾਂ ਕਰਕੇ 20.66 ਲੱਖ ਵੋਟਰਾਂ ਨੂੰ ਡਰਾਫਟ ਸੂਚੀ ਵਿੱਚੋਂ ਬਾਹਰ ਕਰ ਦਿੱਤਾ ਜਾਵੇਗਾ। ਇਨ੍ਹਾਂ ਵਿੱਚੋਂ ਲਗਭਗ 9.5 ਲੱਖ ਵੋਟਰ ਰਾਜ ਤੋਂ ਸਥਾਈ ਤੌਰ ਤੇ ਪਰਵਾਸ ਕਰ ਗਏ ਹਨ, 5.75 ਲੱਖ ਵੋਟਰਾਂ ਦੀ ਮੌਤ ਹੋ ਗਈ ਹੈ ਅਤੇ ਲਗਭਗ 1.20 ਲੱਖ ਵੋਟਰ ਡੁਪਲੀਕੇਟ ਪਾਏ ਗਏ ਹਨ। ਇਸਦੇ ਇਲਾਵਾ ਪੰਜਾਬ ਭਰ ਵਿੱਚ 4.12 ਲੱਖ ਵੋਟਰ ਅਣਪਛਾਤੇ ਹਨ ਅਤੇ ਜੇਕਰ ਇਹ ਵੋਟਰ ਅੰਤਿਮ ਸੂਚੀ ਵਿੱਚ ਆਪਣੇ ਨਾਮ ਸ਼ਾਮਲ ਕਰਵਾਉਣਾ ਚਾਹੁੰਦੇ ਹਨ, ਤਾਂ ਉਹ ਡਰਾਫਟ ਸੂਚੀ ਜਾਰੀ ਹੋਣ ਤੋਂ ਬਾਅਦ ਈ ਆਰ ਓ ਜਾਂ ਬਲਾਕ ਵਿਕਾਸ ਅਧਿਕਾਰੀ ਕੋਲ ਦਾਅਵਾ ਜਾਂ ਇਤਰਾਜ਼ ਦਰਜ ਕਰ ਸਕਦੇ ਹਨ।
ਲਾਪਤਾ ਵੋਟਰਾਂ ਤੋਂ ਇਲਾਵਾ, ਉਨ੍ਹਾਂ ਵੋਟਰਾਂ ਲਈ ਪ੍ਰਕਿਰਿਆ ਨੂੰ ਸਮਝਣਾ ਵੀ ਮਹੱਤਵਪੂਰਨ ਹੈ ਜਿਨ੍ਹਾਂ ਦੇ ਨਾਮ ਡਰਾਫਟ ਵੋਟਰ ਸੂਚੀ ਵਿੱਚ ਹਨ ਪਰ ਜਿਨ੍ਹਾਂ ਦੇ ਰਿਕਾਰਡ ਪਿਛਲੀ ਐਸ ਆਈ ਆਰ ਸੂਚੀ ਨਾਲ ਮੈਪ ਨਹੀਂ ਕੀਤੇ ਗਏ ਹਨ।
-
Mohali1 month agoਗੁਰਦੁਆਰਾ ਤਾਲਮੇਲ ਕਮੇਟੀ ਵਲੋਂ ਬੱਚਿਆਂ ਦੇ ਗੁਰਬਾਣੀ ਕੰਠ, ਕਵਿਤਾਵਾਂ, ਭਾਸ਼ਣ ਅਤੇ ਦਸਤਾਰ ਸਜਾਉਣ ਦੇ ਮੁਕਾਬਲਿਆਂ ਦਾ ਆਯੋਜਨ
-
International2 months ago
ਕੈਨੇਡਾ ਵਿੱਚ ਭਾਰਤੀ ਰੈਸਟੋਰੈਂਟ ਤੇ ਫਾਇਰਿੰਗ
-
National1 month agoਹਥਿਆਰਬੰਦ ਬਦਮਾਸ਼ਾਂ ਨੇ ਪਰਿਵਾਰ ਨੂੰ ਬੰਧਕ ਬਣਾ ਕੇ ਸੋਨਾ, ਨਗਦੀ ਅਤੇ ਕੀਮਤੀ ਸਮਾਨ ਲੁਟਿਆ
-
Editorial2 months ago
ਸ਼ਹਿਰ ਵਿਚਲੀ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਦੀ ਸਮੱਸਿਆ ਤੇ ਕਾਬੂ ਕਰੇ ਪ੍ਰਸ਼ਾਸਨ
-
National1 month agoਟਰੱਕ ਨਾਲ ਟੱਕਰ ਤੋਂ ਬਾਅਦ ਬੱਸ ਨੂੰ ਲੱਗੀ ਅੱਗ, 8 ਵਿਅਕਤੀਆਂ ਦੀ ਮੌਤ, ਕਈ ਗੰਭੀਰ ਜ਼ਖਮੀ
-
Mohali2 months agoਮਹਿਲਾ ਕਾਂਗਰਸ ਵਲੋਂ ਔਰਤਾਂ ਲਈ 33 ਫੀਸਦੀ ਰਾਖਵਾਂਕਰਨ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਦਸਤਖ਼ਤ ਮੁਹਿੰਮ ਦੀ ਸ਼ੁਰੂਆਤ
-
National2 months agoਕੋਇਲੇ ਨਾਲ ਭਰੇ ਟਰੱਕ ਨੇ ਬੈਂਡ ਗੱਡੀ ਨੂੰ ਮਾਰੀ ਟੱਕਰ, 7 ਵਿਅਕਤੀਆਂ ਦੀ ਮੌਤ
-
Mohali1 month agoਭਾਈ ਘਨਈਆ ਸੋਸਾਇਟੀ ਨੇ ਲੜਕੀਆਂ ਦੇ ਖਾਣਾ ਬਣਾਉਣ ਦੇ ਮੁਕਾਬਲੇ ਕਰਵਾਏ
