Connect with us

Mohali

ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲੀਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ ਸਾਂਝ ਰਾਹਤ ਕੇਂਦਰ : ਡੀ ਜੀ ਪੀ

Published

on

ਐਸ ਏ ਐਸ ਨਗਰ, 6 ਅਗਸਤ (ਸ.ਬ.) ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਮਹਿਲਾਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ਪੰਜਾਬ ਪੁਲੀਸ ਦੇ ‘ਸਾਂਝ ਰਾਹਤ ਕੇਂਦਰ’ ਅੱਜ ਕਮਿਊਨਿਟੀ ਪੁਲਿਸਿੰਗ ਦੇ ਮਜ਼ਬੂਤ ਮਾਡਲ ਵਜੋਂ ਉੱਭਰ ਕੇ ਸਾਹਮਣੇ ਆਏ ਹਨ ਅਤੇ ਇਹਨਾਂ ਕੇਂਦਰਾਂ ਰਾਹੀਂ ਪੀੜਤ ਤੇ ਲੋੜਵੰਦ ਮਹਿਲਾਵਾਂ ਨੂੰ ਸਹਾਇਤਾ, ਕਾਊਂਸਲਿੰਗ, ਸੰਕਟ ਦੀ ਸਥਿਤੀ ਵਿੱਚ ਤੁਰੰਤ ਦਖ਼ਲ ਅਤੇ ਮੁੜ ਵਸੇਬਾ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਉਹਨਾਂ ਕਿਹਾ ਕਿ ਮੁਹਾਲੀ ਸਥਿਤ ਸਾਂਝ ਰਾਹਤ ਕੇਂਦਰ ਵਿੱਚ ਸਿਰਫ ਦੋ ਸਿਖਲਾਈ ਪ੍ਰਾਪਤ ਕਾਊਂਸਲਰਾਂ ਨਾਲ ਸ਼ੁਰੂ ਕੀਤੀ ਗਈ ਇਸ ਪਹਿਲਕਦਮੀ ਦਾ ਵਿਸਥਾਰ ਹੁਣ ਫ਼ਤਿਹਗੜ੍ਹ ਸਾਹਿਬ, ਲੁਧਿਆਣਾ ਅਤੇ ਜਲੰਧਰ ਦੇ ਸਿਵਲ ਹਸਪਤਾਲਾਂ ਤੱਕ ਹੋ ਚੁੱਕਾ ਹੈ। ਪਿਛਲੇ ਦੋ ਸਾਲਾਂ ਦੌਰਾਨ ਇਨ੍ਹਾਂ ਕੇਂਦਰਾਂ ਵਿੱਚ 1,069 ਮਾਮਲੇ ਦਰਜ ਕੀਤੇ ਗਏ, ਜਦਕਿ 1,656 ਮਾਮਲਿਆਂ ਦੀ ਮੁੱਢਲੀ ਜਾਂਚ (ਸਕ੍ਰੀਨਿੰਗ) ਕੀਤੀ ਗਈ।

ਉਹਨਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਐਸ ਏ ਐਸ ਨਗਰ, ਲੁਧਿਆਣਾ, ਫ਼ਤਿਹਗੜ੍ਹ ਸਾਹਿਬ ਅਤੇ ਜਲੰਧਰ ਵਿੱਚ ਚਾਰ ਸਾਂਝ ਰਾਹਤ ਕੇਂਦਰ ਚੱਲ ਰਹੇ ਹਨ, ਜੋ ਸੰਕਟਗ੍ਰਸਤ ਮਹਿਲਾਵਾਂ ਨੂੰ ਮਾਨਸਿਕ ਸਦਮੇ ਤੋਂ ਉੱਭਰਨ ਅਤੇ ਆਮ ਜੀਵਨ ਜਿਊਣ ਵਿੱਚ ਸਹਾਇਤਾ ਪ੍ਰਦਾਨ ਕਰ ਰਹੇ ਹਨ। ਅਜਿਹੀਆਂ ਪਹਿਲਕਦਮੀਆਂ ਮਹਿਲਾਵਾਂ ਦੀ ਸੁਰੱਖਿਆ ਪ੍ਰਤੀ ਪੰਜਾਬ ਪੁਲੀਸ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ, ਕਿਉਂਕਿ ਇਨ੍ਹਾਂ ਰਾਹੀਂ ਸ਼ੁਰੂਆਤੀ ਪੜਾਅ ਤੇ ਸਰਗਰਮ ਦਖ਼ਲ ਯਕੀਨੀ ਬਣਾ ਕੇ ਮਹਿਲਾਵਾਂ ਵਿਰੁੱਧ ਹਿੰਸਾ ਨੂੰ ਰੋਕਿਆ ਜਾ ਸਕਦਾ ਹੈ।

ਡੀ ਜੀ ਪੀ ਨੇ ਦੱਸਿਆ ਕਿ ਪਿਛਲੇ ਦੋ ਸਾਲਾਂ ਦੌਰਾਨ ਸਾਂਝ ਰਾਹਤ ਕੇਂਦਰਾਂ ਨੇ ਪੀੜਤ ਮਹਿਲਾਵਾਂ ਨੂੰ ਕਾਊਂਸਲਿੰਗ, ਸਹਾਰਾ , ਕਾਨੂੰਨੀ ਸਹਾਇਤਾ ਅਤੇ ਪੁਲੀਸ ਸਹਾਇਤਾ ਮੁਹੱਈਆ ਕਰਵਾ ਕੇ ਰਾਹਤ ਪ੍ਰਦਾਨ ਕੀਤੀ ਹੈ। ਉਹਨਾਂ ਮੁਹਾਲੀ ਦੇ ਇੱਕ ਮਾਮਲੇ ਦਾ ਜਿਕਰ ਕੀਤਾ ਜਿਸ ਵਿੱਚ ਇੱਕ ਮਹਿਲਾ ਆਪਣੇ ਪਤੀ ਵੱਲੋਂ ਸਰੀਰਕ ਤਸ਼ੱਦਦ ਕੀਤੇ ਜਾਣ ਅਤੇ ਉਸਦੀ ਹੱਤਿਆ ਕਰਵਾਉਣ ਦੀ ਧਮਕੀ ਦੇਣ ਤੋਂ ਬਾਅਦ ਸਾਂਝ ਰਾਹਤ ਕੇਂਦਰ ਪਹੁੰਚੀ ਸੀ ਅਤੇ ਐਸ ਏ ਐਸ ਨਗਰ ਸਥਿਤ ਕੇਂਦਰ ਦੀ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਉਸਦੀ ਸੁਰੱਖਿਆ ਯਕੀਨੀ ਬਣਾਈ, ਸੁਰੱਖਿਅਤ ਆਉਣ-ਜਾਣ ਦਾ ਪ੍ਰਬੰਧ ਕੀਤਾ, ਉਸਨੂੰ ਉਸਦੇ ਪੇਕੇ ਘਰ ਪਹੁੰਚਾਇਆ ਅਤੇ ਉਸਦੇ ਪਤੀ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰਵਾਈ।

ਉਹਨਾਂ ਦੱਸਿਆ ਕਿ ਇੱਕ ਹੋਰ ਮਾਮਲੇ ਵਿੱਚ ਇੱਕ ਗਰਭਵਤੀ ਮਹਿਲਾ, ਜਿਸ ਨੂੰ ਉਸਦੇ ਪਤੀ ਅਤੇ ਪਰਿਵਾਰ ਨੇ ਛੱਡ ਦਿੱਤਾ ਸੀ, ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਦਾਖ਼ਲ ਕਰਵਾਈ ਗਈ। ਸਾਂਝ ਰਾਹਤ ਕੇਂਦਰ ਦੀ ਟੀਮ ਨੇ ਉਸਦੀ ਕਾਊਂਸਲਿੰਗ ਕੀਤੀ ਅਤੇ ਉਸਨੂੰ ਪੀਜੀਆਈ ਵਿੱਚ ਦਾਖ਼ਲ ਕਰਵਾਇਆ, ਜਿੱਥੇ ਉਹ ਲਗਭਗ ਦੋ ਮਹੀਨੇ ਤੱਕ ਇਲਾਜ ਅਧੀਨ ਰਹੀ।

Continue Reading

Mohali

ਗਮਾਡਾ ਨੇ ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਨਾਜਾਇਜ਼ ਕਲੋਨੀ ਕੱਟਣ ਵਾਲਿਆਂ ਖਿਲਾਫ ਕੀਤੀ ਕਾਰਵਾਈ

Published

on

By

ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹੀ, ਸੀਵਰੇਜ ਦੀਆਂ ਲਾਈਨਾਂ ਪੁੱਟੀਆਂ

ਐਸ ਏ ਐਸ ਨਗਰ, 29 ਅਕਤੂਬਰ (ਪਵਨ ਰਾਵਤ) ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਕਥਿਤ ਤੌਰ ਤੇ ਨਾਜਾਇਜ਼ ਕਲੋਨੀ ਕੱਟਣ ਅਤੇ ਹਰੇ-ਭਰੇ ਦਰੱਖਤਾਂ ਦੀ ਕਟਾਈ ਦੇ ਮਾਮਲੇ ਵਿੱਚ ਗਮਾਡਾ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਮੌਕੇ ਤੇ ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹ ਦਿੱਤੀ ਗਈ ਅਤੇ ਸੀਵਰੇਜ ਦੀਆਂ ਲਾਈਨਾਂ ਪੁੱਟ ਦਿੱਤੀਆਂ ਗਈਆਂ।

ਗਮਾਡਾ ਦੀ ਰੈਗੁਲੇਟਰੀ ਬ੍ਰਾਂਚ ਦੇ ਐਸ ਡੀ ਓ ਸz. ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਕਾਰਵਾਈ ਨਾਲ ਨਾਜਾਇਜ਼ ਤੌਰ ਤੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਸਖ਼ਤ ਸੰਦੇਸ਼ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਕੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜਿਨ੍ਹਾਂ ਲੋਕਾਂ ਨੇ ਲੋੜੀਂਦੀਆਂ ਮਨਜ਼ੂਰੀਆਂ ਲਏ ਬਿਨਾਂ ਉਸਾਰੀ ਕੀਤੀ ਹੈ, ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਗਲਤਫ਼ਹਿਮੀ ਨਹੀਂ ਰੱਖਣੀ ਚਾਹੀਦੀ ਕਿ ਮਕਾਨ ਬਣ ਜਾਣ ਤੋਂ ਬਾਅਦ ਗਮਾਡਾ ਕੋਈ ਕਾਰਵਾਈ ਨਹੀਂ ਕਰ ਸਕਦਾ। ਜੇਕਰ ਕਿਸੇ ਨੇ ਬਿਨਾਂ ਮਨਜ਼ੂਰੀ ਮਕਾਨ ਬਣਾਇਆ ਹੈ, ਤਾਂ ਗਮਾਡਾ ਵੱਲੋਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

Continue Reading

Mohali

ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਰੋਸ ਧਰਨਾ

Published

on

By

ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਆਪਣੀਆਂ ਲਮਕਦੀਆਂ ਮੰਗਾਂ ਮੰਗਵਾਉਣ ਲਈ ਸz. ਲਛਮਣ ਸਿੰਘ ਗਰੇਵਾਲ ਅਤੇ ਰਾਜਵਿੰਦਰ ਸਿੰਘ ਤਰਸਿੱਕਾ ਦੀ ਅਗਵਾਈ ਵਿੱਚ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫਤਰ (ਵਿਕਾਸ ਭਵਨ ਮੁਹਾਲੀ) ਵਿਖੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਬੁਲਾਰਿਆਂ ਵੱਲੋਂ ਕਿਹਾ ਗਿਆ ਕਿ ਸਰਕਾਰ ਅਤੇ ਵਿਭਾਗ ਉਨ੍ਹਾਂ ਨਾਲ ਮਤਰੇਈ ਮਾਂ ਜਿਹਾ ਸਲੂਕ ਕਰ ਰਿਹਾ ਹੈ। ਪੇ-ਕਮਿਸ਼ਨ ਦੇ ਬਕਾਏ ਜਾਰੀ ਨਹੀਂ ਕੀਤੇ ਜਾ ਰਹੇ, ਬੁਢਾਪਾ ਭੱਤਾ ਪੂਰਾ ਨਹੀਂ ਦਿੱਤਾ ਜਾ ਰਿਹਾ, ਐਲ. ਟੀ. ਸੀ. ਦੀ ਸਹੂਲਤ ਲਾਗੂ ਨਹੀਂ ਕੀਤੀ ਜਾ ਰਹੀ, ਪੈਨਸ਼ਨ ਲਾਉਣ ਲਈ ਕੋਈ ਸਮਾਂ ਸੀਮਾਂ ਨਹੀਂ, ਪੈਨਸ਼ਨ ਸਮੇਂ ਸਿਰ ਨਹੀਂ ਦਿੱਤੀ ਜਾਂਦੀ, ਅਦਾਲਤੀ ਫੈਸਲਿਆਂ ਨੂੰ ਅਪੀਲਾਂ ਰਾਹੀਂ ਲਟਕਾਇਆ ਜਾ ਰਿਹਾ ਹੈ ਅਤੇ ਪੈਨਸ਼ਨ ਸੈਲ ਨੂੰ ਸੂਚਾਰੂ ਬਣਾਉਣ ਲਈ ਯਤਨ ਨਹੀਂ ਕੀਤੇ ਜਾਂਦੇ।

ਉਨ੍ਹਾਂ ਕਿਹਾ ਕਿ ਜੇ ਇਸ ਧਰਨੇ ਉਪਰੰਤ ਵੀ ਕਾਰਗਰ ਕਦਮ ਨਾ ਚੁੱਕੇ ਗਏ ਤਾਂ 25 ਨਵੰਬਰ ਨੂੰ ਮੁੜ ਧਰਨਾ ਲਗਾਇਆ ਜਾਵੇਗਾ। ਧਰਨੇ ਨੂੰ ਪੈਨਸ਼ਨਰ ਆਗੂਆਂ ਲਛਮਣ ਸਿੰਘ ਗਰੇਵਾਲ, ਰਾਜਵਿੰਦਰ ਸਿੰਘ ਤਰਸਿੱਕਾ, ਕੁਲਵੰਤ ਕੌਰ ਬਾਠ, ਗੁਰਮੀਤ ਸਿੰਘ ਭਾਂਖਰਪੁਰ, ਸੁਰਿੰਦਰ ਹਾਟਾ, ਸ਼ੇਰ ਮੁਹੰਮਦ, ਲਖਵਿੰਦਰ ਸਿੰਘ, ਰਾਜਵੰਤ ਸਿੰਘ, ਦਰਸ਼ਨ ਸਿੰਘ, ਮਾਨ ਸਿੰਘ, ਬਲਦੇਵ ਸਿੰਘ, ਮਹਿੰਦਰ ਸਿੰਘ ਭੰਗੂ, ਭਗਵਾਨ ਸਿੰਘ ਤੇ ਜਾਗੀਰ ਸਿੰਘ ਢਿੱਲੋਂ ਆਦਿ ਨੇ ਸੰਬੋਧਨ ਕੀਤਾ।

Continue Reading

Mohali

ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਸਕੱਤਰ ਫੂਡ ਸਪਲਾਈ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ

Published

on

By

ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਸਕੱਤਰ ਫੂਡ ਸਪਲਾਈ ਪੰਜਾਬ ਨੂੰ ਡਿਪਟੀ ਕਮਿਸ਼ਨਰ ਮੁਹਾਲੀ ਰਾਹੀਂ ਮੰਗ ਪੱਤਰ ਦੇ ਕੇ ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਨੇ ਦੱਸਿਆ ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨਾ ਵੇਚਣ ਵਿੱਚ ਮੁਸ਼ਕਲ ਪੇਸ਼ ਆ ਰਹੀ ਹੈ ਕਿਉਂਕਿ ਆੜ੍ਹਤੀਆਂ ਵੱਲੋਂ ਕਿਸਾਨਾਂ ਨੂੰ ਕਿਹਾ ਜਾ ਰਿਹਾ ਹੈ ਕਿ ਸਰਕਾਰ ਦਾ ਖਰੀਦ ਦਾ ਟੀਚਾ ਪੂਰਾ ਹੋ ਜਾਣ ਕਾਰਨ ਸਰਕਾਰ ਵੱਲੋਂ ਖਰੀਦ ਬੰਦ ਕਰ ਦਿੱਤੀ ਗਈ ਹੈ।

ਉਹਨਾਂ ਕਿਹਾ ਕਿ ਕੁਝ ਮੰਡੀਆਂ ਵਿੱਚ ਬਾਰਦਾਨਾ ਮੁਹਈਆ ਨਹੀਂ ਕਰਵਾਇਆ ਜਾ ਰਿਹਾ ਅਤੇ ਕੁਝ ਮੰਡੀਆਂ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਦੱਸ ਕੇ ਕਈ-ਕਈ ਦਿਨਾਂ ਤੋਂ ਖਰੀਦ ਨਹੀਂ ਕੀਤੀ ਜਾ ਰਹੀ। ਉਹਨਾਂ ਲਿਖਿਆ ਹੈ ਕਿ ਸੀਜਨ ਦੇ ਪਹਿਲੇ ਦਿਨ ਤੋਂ ਹੀ ਸਰਕਾਰ ਕਹਿ ਰਹੀ ਹੈ ਕਿ ਝੋਨਾ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ, ਇਸ ਕਰਕੇ ਖਰੀਦ ਬੰਦ ਨਹੀਂ ਕਰਨੀ ਚਾਹੀਦੀ।

ਉਹਨਾਂ ਲਿਖਿਆ ਹੈ ਕਿ ਖੇਤੀਬਾੜੀ ਵਿਭਾਗ ਦੇ ਸਰਵੇ ਅਨੁਸਾਰ ਝਾੜ ਵਿੱਚ ਵਾਧਾ ਹੋਇਆ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਕਿਹਾ ਜਾ ਰਿਹਾ ਹੈ ਪਿਛਲੇ ਸਾਲਾਂ ਦੇ ਸੀਜਨਾਂ ਦੇ ਝਾੜ ਮੁਤਾਬਕ ਖਰੀਦ ਕੀਤੀ ਜਾਵੇਗੀ ਜਦ ਕਿ ਇਸ ਸਾਲ ਝਾੜ ਜਿਆਦਾ ਹੈ। ਪਿਛਲੇ ਸੀਜ਼ਨ ਵਿੱਚ ਤਾਂ ਹੜ੍ਹਾਂ ਅਤੇ ਬਿਮਾਰੀਆਂ ਕਾਰਨ ਫਸਲ ਘੱਟ ਹੁੰਦੀ ਰਹੀ।

ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਨਿਰਵਿਘਨ ਖਰੀਦ ਕੀਤੀ ਜਾਵੇ ਕਿਉਂਕਿ ਜੇਕਰ ਕਿਸਾਨ ਨੂੰ ਮੰਡੀਆਂ ਵਿੱਚ ਵਾਧੂ ਟਾਈਮ ਲੱਗੇਗਾ ਤਾਂ ਕਣਕ ਦੀ ਬਿਜਾਈ ਵੀ ਲੇਟ ਹੋਵੇਗੀ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਖਾਦ ਅਤੇ ਹੋਰ ਖਾਦਾਂ ਦਾ ਪ੍ਰਬੰਧ ਕਰਨ ਲਈ ਵਾਧੂ ਪਰੇਸ਼ਾਨ ਹੋਣਾ ਪੈ ਰਿਹਾ ਹੈ। ਉਪਰੋਕਤ ਮੰਗਾਂ ਤੇ ਤੁਰੰਤ ਧਿਆਨ ਦਿੱਤਾ ਜਾਵੇ ਕਿਸੇ ਵੀ ਦਾਣਾ ਮੰਡੀ ਵਿੱਚ ਖਰੀਦ ਬੰਦ ਨਾ ਕੀਤੀ ਜਾਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਹਰ ਸਿੰਘ ਥੇੜੀ ਪ੍ਰੈਸ ਸਕੱਤਰ ਪੰਜਾਬ, ਹਕੀਕਤ ਸਿੰਘ ਘੜੂੰਆਂ ਜ਼ਿਲ੍ਹਾ ਪ੍ਰੈਸ ਸਕੱਤਰ, ਬਹਾਦਰ ਸਿੰਘ ਨਿਆਮੀਆਂ ਜ਼ਿਲ੍ਹਾ ਜਨਰਲ ਸਕੱਤਰ, ਕੁਲਦੀਪ ਸਿੰਘ ਜਲਾਲਪੁਰ ਬਲਾਕ ਡੇਰਾਬੱਸੀ, ਜਰਨੈਲ ਸਿੰਘ ਦਿਆਲਪੁਰਾ ਬਲਾਕ ਪ੍ਰਧਾਨ ਡੇਰਾਬੱਸੀ, ਬਲਵਿੰਦਰ ਸਿੰਘ ਮਲਕਪੁਰ ਡੇਰਾਬੱਸੀ, ਪ੍ਰੇਮ ਸਿੰਘ ਮੀਰਪੁਰ ਡੇਰਾਬੱਸੀ, ਤਲਵਿੰਦਰ ਸਿੰਘ ਡੇਰਾਬੱਸੀ ਹਾਜ਼ਰ ਸਨ।

Continue Reading

Latest News

Trending