Editorial
ਅਕਾਲੀ ਦਲ -ਭਾਜਪਾ ਵਿਚਾਲੇ ਹੋਣ ਵਾਲੇ ਸਿਆਸੀ ਗਠਜੋੜ ਦਾ ਕੱਚ-ਸੱਚ
ਕੀ ਦੋਵੇਂ ਰਵਾਇਤੀ ਪਾਰਟੀਆਂ ਵਿਚਾਲੇ ਹੋ ਸਕੇਗਾ ਸਿਆਸੀ ਗਠਜੋੜ?
ਜਿਵੇਂ ਜਿਵੇਂ ਪੰਜਾਬ ਵਿੱਚ ਅਗਲੀਆਂ ਵਿਧਾਨ ਸਭਾ ਚੋਣਾਂ ਕਰਵਾਏ ਜਾਣ ਦਾ ਸਮਾਂ ਨੇੜੇ ਆਉਂਦਾ ਜਾ ਰਿਹਾ ਹੈ, ਉਵੇਂ ਹੀ ਪੰਜਾਬ ਦੀ ਸਿਆਸਤ ਵਿੱਚ ਨਿੱਤ ਨਵੇਂ ਸਮੀਕਰਨ ਬਣਦੇ ਜਾ ਰਹੇ ਹਨ। ਪੰਜਾਬ ਦੀ ਮੁੱਖ ਖੇਤਰੀ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਵੱਖ ਵੱਖ ਧੜਿਆਂ ਅਤੇ ਭਾਜਪਾ ਵਿਚਾਲੇ ਸਿਆਸੀ ਸਾਂਝ ਪੈਦਾ ਹੋਣ ਬਾਰੇ ਕਿਆਸ ਲਗਾਏ ਜਾ ਰਹੇ ਹਨ। ਇੱਕ ਪਾਸੇ ਬਾਦਲ ਦਲ ਦੇ ਆਗੂ ਭਾਜਪਾ ਨਾਲ ਸਾਂਝ ਪਾਉਣ ਲਈ ਤਰਲੋਮੱਛੀ ਹੋ ਰਹੇ ਹਨ, ਦੂਜੇ ਪਾਸੇ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਅਕਾਲੀ ਦਲ ਪੁਨਰ ਸੁਰਜੀਤ ਦਾ ਭਾਜਪਾ ਨਾਲ ਸਿਆਸੀ ਗਠਜੋੜ ਹੋਣ ਦੀ ਸੰਭਾਵਨਾ ਬਾਰੇ ਬਿਆਨ ਜਾਰੀ ਕਰ ਦਿੱਤਾ ਹੈ, ਜਿਸ ਤੋਂ ਪਤਾ ਚੱਲਦਾ ਹੈ ਕਿ ਅਗਲੀ ਵਾਰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਜਿੱਤਣ ਲਈ ਅਕਾਲੀ ਦਲ ਦੇ ਵੱਖ ਵੱਖ ਧੜੇ ਅਤੇ ਭਾਜਪਾ ਦੇ ਕਈ ਆਗੂ ਅੰਦਰਖਾਤੇ ਗਠਜੋੜ ਕਰਨ ਦੀਆਂ ਤਿਆਰੀਆਂ ਕਰ ਰਹੇ ਹਨ ਪਰ ਇਹਨਾਂ ਤਿਆਰੀਆਂ ਨੂੰ ਅਜੇ ਤੱਕ ਸਫਲਤਾ ਨਾ ਮਿਲਣ ਕਾਰਨ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਸਿਆਸੀ ਸਾਂਝ ਸਬੰਧੀ ਜੱਕੋਤੱਕੀ ਵਾਲੇ ਹਾਲਾਤ ਬਣੇ ਹੋਏ ਹਨ।
ਅਕਾਲੀ ਦਲ ਬਾਦਲ ਅਤੇ ਭਾਜਪਾ ਵਿਚਾਲੇ ਲੰਬਾ ਸਮਾਂ ਸਿਆਸੀ ਗਠਜੋੜ ਰਿਹਾ ਹੈ। ਦੋਵਾਂ ਪਾਰਟੀਆਂ ਨੇ ਲੰਬਾਂ ਸਮਾਂ ਸਿਆਸੀ ਗਠਜੋੜ ਤਹਿਤ ਸੂਬੇ ਵਿੱਚ ਤਿੰਨ ਵਾਰ (1997 ਤੋਂ 2002, 2007 ਤੋਂ 2012, ਅਤੇ 2012 ਤੋਂ 2017 ਤੱਕ) ਸਰਕਾਰ ਚਲਾਈ ਹੈ। ਹਾਲਾਂਕਿ 2020 ਦੇ ਕਿਸਾਨ ਅੰਦੋਲਨ ਦੌਰਾਨ ਦੋਵਾਂ ਰਾਜਨੀਤਿਕ ਪਾਰਟੀਆਂ ਵਿੱਚ ਤਣਾਅ ਪੈਦਾ ਹੋ ਗਿਆ ਸੀ ਜਦੋਂ ਅਕਾਲੀ ਦਲ ਨੇ ਪਹਿਲਾਂ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ ਅਤੇ ਬਾਅਦ ਵਿੱਚ ਉਨ੍ਹਾਂ ਦੇ ਰੱਦ ਕਰਨ ਦੀ ਮੰਗ ਕਰਦਿਆਂ ਵਿਰੋਧ ਕੀਤਾ। ਉਸ ਸਮੇਂ ਅਕਾਲੀ ਦਲ ਬਾਦਲ ਨੇ ਭਾਜਪਾ ਨਾਲੋਂ ਗਠਜੋੜ ਵੀ ਤੋੜ ਲਿਆ ਸੀ ਅਤੇ ਦੋਵੇਂ ਸਿਆਸੀ ਪਾਰਟੀਆਂ ਦੇ ਰਾਹ ਵੱਖਰੇ- ਵੱਖਰੇ ਹੋ ਗਏ ਸਨ।
ਉਦੋਂ ਤੋਂ ਲੈ ਕੇ ਹੁਣ ਤੱਕ ਦੋਵੇਂ ਸਿਆਸੀ ਪਾਰਟੀਆਂ ਵੱਖ ਵੱਖ ਵਿਚਰ ਰਹੀਆਂ ਹਨ ਪਰ ਦੋਵਾਂ ਵਿੱਚੋਂ ਕਿਸੇ ਵੀ ਪਾਰਟੀ ਨੂੰ ਪੰਜਾਬ ਵਿੱਚ ਸਫਲਤਾ ਨਹੀਂ ਮਿਲੀ। ਇਸ ਸਮੇਂ ਇੱਕ ਪਾਸੇ ਅਕਾਲੀ ਦਲ ਬਾਦਲ ਅਤੇ ਭਾਜਪਾ ਵਿਚਾਲੇ ਸਿਆਸੀ ਸਾਂਝ ਪੈਦਾ ਹੋਣ ਸਬੰਧੀ ਗੱਲਾਂ ਕੀਤੀਆਂ ਜਾ ਰਹੀਆਂ ਹਨ, ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਦੇ ਕਈ ਵੱਡੇ ਨੇਤਾਵਾਂ ਵੱਲੋਂ ਇਹ ਚੋਣਾਂ ਆਪਣੇ ਬਲਬੂਤੇ ਲੜਨ ਦੀ ਗੱਲ ਕੀਤੀ ਜਾ ਰਹੀ ਹੈ ਪਰ ਵਿੱਚੋਂ ਭਾਰਤੀ ਜਨਤਾ ਪਾਰਟੀ ਵੀ ਪੰਜਾਬ ਦੀ ਜ਼ਮੀਨੀ ਹਕੀਕਤ ਤੋਂ ਭਲੀ ਭਾਂਤ ਜਾਣੂ ਹੈ ਉਥੇ ਹੀ ਇਸ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੀ ਆਪਣੀ ਸਥਿਤੀ ਦਾ ਪੂਰਾ ਗਿਆਨ ਹੈ ਇਸ ਲਈ ਦੋਵਾਂ ਪਾਰਟੀਆਂ ਦੇ ਸ਼ੁਭ ਚਿੰਤਕ ਦੋਵਾਂ ਪਾਰਟੀਆਂ ਦੇ ਚੋਣ ਸਮਝੌਤੇ ਲਈ ਯਤਨਸ਼ੀਲ ਹਨ। ਹਾਲਾਂਕਿ ਅਕਾਲੀ ਦਲ ਬਾਦਲ ਅਤੇ ਭਾਜਪਾ ਵਿਚਾਲੇ ਸਿਆਸੀ ਗਠਜੋੜ ਹੋਣ ਸਬੰਧੀ ਗੱਲਾਂ ਅਜੇ ਸਿਰਫ਼ ਕਿਆਸ ਅਰਾਈਆਂ ਅਤੇ ਅੰਦਾਜ਼ਿਆਂ ਤੱਕ ਹੀ ਸੀਮਿਤ ਹਨ। ਦੋਵਾਂ ਸਿਆਸੀ ਪਾਰਟੀਆਂ ਨੇ ਇਸ ਸੰਭਾਵੀ ਗਠਜੋੜ ਸਬੰਧੀ ਅਜੇ ਤੱਕ ਕੁਝ ਸਪਸ਼ਟ ਨਹੀਂ ਕੀਤਾ ਹੈ। ਜਿਸ ਕਾਰਨ ਇਸ ਸਿਆਸੀ ਗਠਜੋੜ ਸਬੰਧੀ ਜਿੰਨੇ ਮੂੰਹ ਉਨੀਆਂ ਗੱਲਾਂ ਹੋ ਰਹੀਆਂ ਹਨ।
ਸਵਾਲ ਇਹ ਹੈ ਕਿ ਕੀ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਮਿਲ ਕੇ ਚੋਣਾਂ ਲੜ ਕੇ ਪੰਜਾਬ ਦੀ ਰਾਜ ਸੱਤਾ ਤੇ ਕਾਬਜ ਹੋ ਸਕਣਗੇ ? ਇਸ ਸਵਾਲ ਦਾ ਜਵਾਬ ਸਪਸ਼ਟ ਹੈ ਕਿ ਹੋ ਸਕਦਾ ਹੈ ਕਿ ਇਸ ਗੱਠ ਜੋੜ ਦੇ ਨਾਲ ਸ਼ਹਿਰੀ ਜਾਂ ਨੀਮ ਸ਼ਹਿਰੀ ਖੇਤਰਾਂ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਇਸ ਦਾ ਕੁਝ ਲਾਭ ਮਿਲ ਜਾਵੇ ਪਰ ਅਕਾਲੀ ਦਲ ਬਾਦਲ ਨੂੰ ਇਸ ਗਠਜੋੜ ਦਾ ਲਾਭ ਹੋਣ ਦੀ ਸੰਭਾਵਨਾ ਨਹੀਂ ਹੈ ਅਤੇ ਅਕਾਲੀ ਦਲ ਬਾਦਲ ਲਈ ਤਾਂ ਭਾਜਪਾ ਨਾਲ ਗਠਜੋੜ ਕਰਨਾ ਖੂਹ ਵਿੱਚ ਛਾਲ ਮਾਰਨ ਵਾਂਗ ਹੋ ਸਕਦਾ ਹੈ। ਪੰਜਾਬ ਵਿੱਚ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਸਰਕਾਰ ਬਣਾਉਣ ਦੇ ਵਿੱਚ ਕਾਮਯਾਬ ਹੁੰਦੇ ਹਨ ਜਾਂ ਨਹੀਂ ਇਸ ਬਾਰੇ ਤਾਂ ਕੁੱਝ ਕਿਹਾ ਨਹੀਂ ਜਾ ਸਕਦਾ, ਪਰ ਪੰਜਾਬ ਦੇ ਵਿੱਚ ਸੱਤਾ ਦੇ ਵਿੱਚ ਨਾ ਆ ਕੇ ਵੀ ਸ਼੍ਰੋਮਣੀ ਅਕਾਲੀ ਦਲ ਜਿੱਥੇ ਹਿੰਦੁਸਤਾਨ ਦੇ ਭਾਰਤੀ ਜਨਤਾ ਪਾਰਟੀ ਦੇ ਕਬਜ਼ੇ ਵਾਲੇ ਹਿੱਸਿਆਂ ਦਾ ਭਾਈਵਾਲ ਬਣੇਗਾ ਉਥੇ ਹੀ ਅਕਾਲੀ ਦਲ ਦੇ ਵਿੱਚ ਆਪਣੇ ਵਿਰੋਧੀਆਂ ਨੂੰ ਵੀ ਚਿੱਤ ਕਰਨ ਦੇ ਯਤਨ ਕਰੇਗਾ।
ਬੇਸ਼ੱਕ ਦੋਵਾਂ ਪਾਰਟੀਆਂ ਦੇ ਕਈ ਨੇਤਾ ਦੋਵਾਂ ਪਾਰਟੀਆਂ ਦੇ ਗੱਠ ਜੋੜ ਦੀਆਂ ਗੱਲਾਂ ਕਰ ਰਹੇ ਹਨ ਪਰ ਇਸ ਵਿੱਚ ਬੀਤੇ ਸਮੇਂ ਦੀ ਖਟਾਸ ਉਹ ਵੀ ਬੜਾ ਵੱਡਾ ਰੋਲ ਅਦਾ ਕਰੇਗੀ। ਕਈ ਸਾਲ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਬਹੁਤ ਕਰੀਬੀ ਸਾਥੀ ਰਹੇ ਮਨਜਿੰਦਰ ਸਿੰਘ ਸਿਰਸਾ ਦਿੱਲੀ ਦੀ ਪੂਰੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੂੰ ਨਾਲ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅਲਵਿਦਾ ਕਹਿ ਗਏ ਸਨ। ਉਹਨਾਂ ਆਪਣੀ ਪ੍ਰਧਾਨਗੀ ਛੱਡ ਕੇ ਕਾਲਕਾ ਨੂੰ ਸੌਂਪ ਦਿੱਤੀ ਸੀ ਅਤੇ ਖੁਦ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ ਸੀ। ਉਹ ਇਸੇ ਵੇਲੇ ਭਾਰਤੀ ਜਨਤਾ ਪਾਰਟੀ ਵੱਲੋਂ ਦਿੱਲੀ ਵਿੱਚ ਮੰਤਰੀ ਹਨ। ਸਵਾਲ ਇਹ ਹੈ ਕਿ ਕੀ ਬਾਦਲਾਂ ਅਤੇ ਸਿਰਸਾ ਦੇ ਦਰਮਿਆਨ ਖਟਾਸ ਦੂਰ ਹੋਏਗੀ ਅਤੇ ਇਸੇ ਦੌਰਾਨ ਸਰਨਾ ਧੜੇ ਅਤੇ ਮਨਜੀਤ ਸਿੰਘ ਜੀਕੇ ਧੜੇ ਦਾ ਕੀ ਰੁੱਖ ਰਹੇਗਾ? ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਭਾਜਪਾ ਦੇ ਸੀਨੀਅਰ ਆਗੂਆਂ ਦੇ ਨਾਲ ਮੁਲਾਕਾਤ ਤੋਂ ਤੁਰੰਤ ਬਾਅਦ ਦੋਵਾਂ ਧਿਰਾਂ ਵਿੱਚ ਗੱਠ ਜੋੜ ਦੀ ਜੋ ਸੰਭਾਵਨਾ ਦੀਆਂ ਖਬਰਾਂ ਆਉਣ ਲੱਗੀਆਂ ਪਰ ਅਜੇ ਤਕ ਦੋਵਾਂ ਪਾਰਟੀਆਂ ਵਿਚਾਲੇ ਸਿਆਸੀ ਸਮਝੌਤਾ ਨਹੀਂ ਹੋਇਆ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਦੋਂ ਤੋਂ ਪੰਜਾਬ ਦਾ ਦੌਰਾ ਕਰਕੇ ਗਏ ਹਨ, ਉਦੋਂ ਤੋਂ ਸ਼ਹਿਰੀ ਅਤੇ ਨੀਮ ਸ਼ਹਿਰੀ ਖੇਤਰਾਂ ਵਿੱਚ ਭਾਜਪਾ ਮਜਬੂਤ ਹੋ ਕੇ ਉਭਰੀ ਹੈ ਇਸ ਤੋਂ ਇਲਾਵਾ ਭਾਜਪਾ ਵੱਲੋਂ ਪਿੰਡਾਂ ਵਿੱਚ ਵੀ ਆਪਣਾ ਆਧਾਰ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ। ਦੂਜੇ ਪਾਸੇ ਅਕਾਲੀ ਦਲ ਬਾਦਲ ਨਿਰੋਲ ਪੇਂਡੂ ਆਧਾਰਿਤ ਖੇਤਰੀ ਪਾਰਟੀ ਹੈ, ਜਿਸ ਦਾ ਮੁੱਖ ਆਧਾਰ ਪੰਜਾਬ ਦੇ ਮਾਲਵਾ ਖਿੱਤੇ ਵਿੱਚ ਵਧੇਰੇ ਹੈ। ਜਿਥੇ ਬਾਦਲ ਦਲ ਨੂੰ ਇਸ ਸਮੇਂ ਪੂਰੇ ਪੰਜਾਬ ਵਿੱਚ ਹੁੰਗਾਰਾ ਨਹੀਂ ਮਿਲ ਰਿਹਾ, ਉਥੇ ਪੰਜਾਬ ਦੇ ਕਿਸਾਨ, ਜੋ ਕਿ ਪੰਜਾਬ ਵਿੱਚ ਬਹੁਗਿਣਤੀ ਵਿੱਚ ਹਨ, ਭਾਜਪਾ ਨੂੰ ਚੰਗਾ ਨਹੀਂ ਸਮਝਦੇ। ਪੰਜਾਬ ਦੇ ਕਿਸਾਨਾਂ ਦੀਆਂ ਵੋਟਾਂ ਵੀ ਪੰਜਾਬ ਵਿੱਚ ਕਿਸੇ ਵੀ ਸਿਆਸੀ ਪਾਰਟੀ ਦੀ ਜਿੱਤ ਹਾਰ ਦਾ ਫੈਸਲਾ ਕਰ ਦਿੰਦੀਆਂ ਹਨ।
ਪੰਜਾਬ ਦੀ ਰਾਜਨੀਤੀ ਵਿੱਚ ਆਉਣ ਵਾਲੇ ਦਿਨ ਬਹੁਤ ਮਹੱਤਵਪੂਰਨ ਹਨ। ਜੇਕਰ ਪੰਜਾਬ ਦੇ ਵਿੱਚ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਸਮਝੌਤਾ ਹੋ ਜਾਂਦਾ ਹੈ ਤਾਂ ਪੰਜਾਬ ਦੇ ਕਿਸਾਨਾਂ ਦਾ ਅਤੇ ਕਿਸਾਨ ਜਥੇਬੰਦੀਆਂ ਦਾ ਇਸ ਗੱਠਜੋੜ ਨੂੰ ਸਹਿਯੋਗ ਮਿਲਣਾ ਮੁਸ਼ਕਿਲ ਹੈ ਅਤੇ ਕੁਝ ਮੁੱਠੀ ਭਰ ਲੋਕ ਹੀ ਸ਼ਾਇਦ ਇਸ ਗਠਜੋੜ ਦਾ ਸਮਰਥਨ ਕਰ ਸਕਣ। ਦੂਜੇ ਪਾਸੇ ਆਮ ਆਦਮੀ ਪਾਰਟੀ ਤੋਂ ਅੱਕੇ ਮੁਲਾਜ਼ਮ ਅਤੇ ਪੈਂਸ਼ਨਰ ਜਿਹੜੇ ਆਮ ਆਦਮੀ ਪਾਰਟੀ ਦਾ ਬਦਲ ਲੱਭ ਰਹੇ ਹਨ, ਉਹ ਵੀ ਭਾਰਤੀ ਜਨਤਾ ਪਾਰਟੀ ਨਾਲ ਅਕਾਲੀ ਦਲ ਦੇ ਸਮਝੌਤੇ ਤੋਂ ਬਾਅਦ ਇਹਨਾਂ ਦੇ ਵੱਲ ਆਪਣਾ ਰੁੱਖ ਕਰਨ ਤੋਂ ਗੁਰੇਜ ਕਰਨਗੇ ਜਿਹਦਾ ਸਿੱਧਾ ਫਾਇਦਾ ਕਾਂਗਰਸ ਨੂੰ ਹੋਣ ਦੀ ਸੰਭਾਵਨਾ ਨਜ਼ਰ ਆ ਰਹੀ ਹੈ।
ਬਾਕੀ ਆਉਣ ਵਾਲਾ ਸਮਾਂ ਦੱਸੇਗਾ ਕਿ ਇਹ ਗੱਠਜੋੜ (ਜੇਕਰ ਹੋਇਆ ਤਾਂ) ਪੰਜਾਬ ਦੇ ਲੋਕਾਂ ਦੇ ਵਿੱਚ ਹਕੀਕੀ ਤੌਰ ਤੇ ਕੀ ਅਸਰ ਪਾਵੇਗਾ। ਇਹ ਗੱਠਜੋੜ ਤਾਕਤ ਵੱਲ ਵਧੇਗਾ ਜਾਂ ਆਮ ਆਦਮੀ ਪਾਰਟੀ ਨੂੰ ਇਸਦਾ ਫਾਇਦਾ ਹੋਵੇਗਾ ਜਾਂ ਇਹਨਾਂ ਦੇ ਵਿੱਚ ਕਾਂਗਰਸ ਬਾਜੀ ਮਾਰਨ ਦੇ ਵਿੱਚ ਕਾਮਯਾਬ ਹੋਵੇਗੀ ਇਸ ਬਾਰੇ ਆਉਣ ਵਾਲਾ ਸਮਾਂ ਹੀ ਦੱਸੇਗਾ।
ਭਗਵੰਤ ਸਿੰਘ ਬੇਦੀ
Editorial
ਮਸਾਲੇ ਵਾਲੇ ਫਲਾਂ ਅਤੇ ਕੈਮੀਕਲ ਵਾਲੀਆਂ ਸਬਜੀਆਂ ਦੀ ਵਿਕਰੀ ਤੇ ਸਖਤੀ ਨਾਲ ਰੋਕ ਲਗਾਏ ਪ੍ਰਸ਼ਾਸਨ
ਸਬਜੀਆਂ ਅਤੇ ਫਲ ਹਰ ਘਰ ਦੀ ਲੋੜ ਹਨ ਅਤੇ ਹਰ ਵਿਅਕਤੀ ਆਪਣੇ ਘਰ ਪਰਿਵਾਰ ਲਈ ਫਲਾਂ ਅਤੇ ਸਬਜੀਆਂ ਦੀ ਖਰੀਦ ਕਰਦਾ ਹੈ ਪਰੰਤੂ ਬਾਜਾਰ ਵਿੱਚ ਅੱਜਕੱਲ ਜਿਹੜੇ ਫਲ ਅਤੇ ਸਬਜੀਆਂ ਵਿਕ ਰਹੇ ਹਨ ਉਹਨਾਂ ਬਾਰੇ ਇਹ ਗੱਲ ਆਮ ਆਖੀ ਜਾਂਦੀ ਹੈ ਕਿ ਇਹਨਾਂ ਫਲਾਂ ਅਤੇ ਸਬਜੀਆਂ ਵਿੱਚੋਂ ਜਿਆਦਾਤਰ ਨੂੰ ਮਨੁੱਖੀ ਸਿਹਤ ਲਈ ਨੁਕਸਾਨਦਾਇਕ ਕੈਮੀਕਲਾਂ ਦੀ ਮਦਦ ਨਾਲ ਪਕਾਇਆ ਅਤੇ ਵੱਡਾ ਕੀਤਾ ਜਾਂਦਾ ਹੈ। ਅਜਿਹਾ ਆਮ ਕਿਹਾ ਜਾਂਦਾ ਹੈ ਕਿ ਕੱਦੂ ਦੀ ਵੇਲ ਅਤੇ ਹੋਰਨਾਂ ਸਬਜੀਆਂ ਦੀਆਂ ਜੜ੍ਹਾਂ ਵਿਚ ਮੱਝਾਂ ਨੂੰ ਧਾਰ ਚੋਣ ਵੇਲੇ ਲਗਾਇਆ ਜਾਣ ਵਾਲਾ ਹਾਰਮੋਨ ਦਾ ਟੀਕਾ ਲਗਾਇਆ ਜਾਂਦਾ ਹੈ ਜਿਸ ਨਾਲ ਇਹਨਾਂ ਸਬਜੀਆਂ ਦਾ ਆਕਾਰ ਰਾਤੋ ਰਾਤ ਬਹੁਤ ਵੱਡਾ ਹੋ ਜਾਂਦਾ ਹੈ।
ਬਾਜਾਰ ਵਿੱਚ ਵਿਕਦੇ ਫਲਾਂ ਨੂੰ ਵੀ ਵੱਖ ਵੱਖ ਕੈਮੀਕਲਾਂ ਦੀ ਵਰਤੋਂ ਕਰਕੇ ਪਕਾਉਣ ਅਤੇ ਚਮਕਦਾਰ ਬਣਾਉਣ ਦੀ ਗੱਲ ਅਕਸਰ ਸਾਮ੍ਹਣੇ ਆਉਂਦੀ ਹੈ। ਮਸਾਲਿਆਂ ਨਾਲ ਪਕਾ ਕੇ ਵੇਚੇ ਜਾ ਰਹੇ ਫਲ ਹੋਣ ਜਾਂ ਟੀਕੇ ਲਗਾ ਕੇ ਵੱਡੀਆਂ ਕੀਤੀਆਂ ਸਬਜੀਆਂ, ਇਹ ਸਾਰੇ ਹੀ ਇਹਨਾਂ ਕੈਮੀਕਲਾਂ ਦੇ ਅਸਰ ਕਾਰਨ ਜਹਿਰ ਵਰਗੀਆਂ ਹੀ ਹੋ ਜਾਂਦੀਆਂ ਹਨ। ਇਹਨਾਂ ਕਾਰਨ ਮਨੁੱਖੀ ਸਿਹਤ ਨੂੰ ਭਾਰੀ ਨੁਕਸਾਨ ਪਹੁੰਚਦਾ ਹੈ ਅਤੇ ਆਮ ਲੋਕ ਜਿਹੜੇ ਇਹਨਾਂ ਫਲਾਂ ਨੂੰ ਇਹ ਸੋਚ ਕੇ ਖਰੀਦਦੇ ਹਨ ਕਿ ਇਹ ਉਹਨਾਂ ਦੀ ਸਿਹਤ ਲਈ ਲਾਭਦਾਇਕ ਹਨ, ਉਹ ਉਲਟਾ ਆਪਣੇ ਅਤੇ ਆਪਣੇ ਪਰਿਵਾਰ ਲਈ ਹਲਕਾ ਜਹਿਰ ਖਰੀਦ ਰਹੇ ਹੁੰਦੇ ਹਨ।
ਕਿਸਾਨਾਂ ਵਲੋਂ ਸਬਜੀਆਂ ਅਤੇ ਫਲਾਂ ਉੱਪਰ ਕੀੜੇਮਾਰ ਦਵਾਈਆਂ ਦਾ ਭਾਰੀ ਛਿੜਕਾਅ ਕੀਤਾ ਜਾਂਦਾ ਹੈ ਜਿਸ ਕਾਰਨ ਇਹ ਸਬਜੀਆਂ ਅਤੇ ਫਲ ਪਹਿਲਾਂ ਹੀ ਕੀਟਨਾਸ਼ਕਾਂ ਦੇ ਜਹਿਰ ਦੇ ਅਸਰ ਹੇਠ ਆ ਜਾਂਦੇ ਹਨ ਅਤੇ ਬਾਕੀ ਦੀ ਕਸਰ ਇਹਨਾਂ ਸਬਜੀਆਂ ਅਤੇ ਫਲਾਂ ਦੇ ਵਪਾਰੀ (ਅਤੇ ਦੁਕਾਨਦਾਰ) ਪੂਰੀ ਕਰ ਦਿੰਦੇ ਹਨ, ਜੋ ਕੱਚੇ ਫਲਾਂ ਅਤੇ ਕੱਚੀਆਂ ਸਬਜੀਆਂ ਨੂੰ ਕੈਮੀਕਲਾਂ, ਰਸਾਇਣਾਂ, ਮਸਾਲਿਆਂ ਨਾਲ ਪਕਾ ਕੇ ਵੇਚਦੇ ਹਨ ਅਤੇ ਆਮ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਦੇ ਹਨ। ਸਬਜੀਆਂ ਅਤੇ ਫਲ ਵੇਚਣ ਵਾਲੇ ਦੁਕਾਨਦਾਰਾਂ ਵਲੋਂ ਆਪਣੀਆਂ ਸਬਜੀਆਂ ਅਤੇ ਫਲਾਂ ਨੂੰ ਚਮਕਦਾਰ ਬਣਾਉਣ ਅਤੇ ਕੱਚੇ ਫਲਾਂ ਨੂੰ ਪਕਾਉਣ ਲਈ ਖੁੱਲੇਆਮ ਕਈ ਤਰ੍ਹਾਂ ਦੇ ਮਸਾਲਿਆਂ ਅਤੇ ਰਸਾਇਣਾਂ ਦੀ ਵਰਤੋ ਕੀਤੀ ਜਾਂਦੀ ਹੈ, ਜੋ ਕਿ ਮਨੁੱਖੀ ਸਿਹਤ ਲਈ ਹਾਨੀਕਾਰਕ ਹੁੰਦੇ ਹਨ।
ਫਲ ਅਤੇ ਸਬਜੀਆਂ ਵੇਚਣ ਵਾਲੇ ਦੁਕਾਨਦਾਰ ਇਹ ਲੋਕ ਕੈਮੀਕਲਾਂ ਨਾਲ ਤਿਆਰ ਕੀਤੀਆਂ ਸਬਜੀਆਂ ਅਤੇ ਫਲਾਂ ਨੂੰ ਬਾਜਾਰ ਵਿੱਚ ਵੇਚ ਕੇ ਖੁਦ ਤਾਂ ਭਾਰੀ ਮੁਨਾਫਾ ਕਮਾਉਂਦੇ ਹਨ ਪਰੰਤੂ ਜਿਹੜੇ ਲੋਕ ਅਜਿਹੀਆਂ ਸਬਜੀਆਂ ਖਰੀਦ ਕੇ ਖਾਂਦੇ ਹਨ ਉਹਨਾਂ ਦੀ ਸਿਹਤ ਨੂੰ ਭਾਰੀ ਨੁਕਸਾਨ ਪਹੁੰਚਦਾ ਹੈ। ਇਸ ਸੰਬੰਧੀ ਗੱਲ ਕਰਨ ਤੇ ਖੇਤੀ ਮਾਹਿਰ ਸਲਾਹ ਦਿੰਦੇ ਹਨ ਕਿ ਆਮ ਲੋਕਾਂ ਨੂੰ ਸਿਰਫ ਉਹ ਸਬਜੀ ਖਾਣੀ ਚਾਹੀਦੀ ਹੈ, ਜਿਸ ਨੂੰ ਕੀੜਾ ਲਗਿਆ ਹੋਵੇ, ਕਿਉਂਕਿ ਕੀੜਾ ਉਸੇ ਸਬਜੀ ਨੂੰ ਲੱਗਦਾ ਹੈ ਜਿਸਤੇ ਕੀਟ ਨਾਸ਼ਕਾਂ ਦਾ ਅਸਰ ਬਹੁਤ ਘੱਟ ਹੋਵੇ। ਉਹਨਾਂ ਦੇ ਕਹਿਣ ਦਾ ਭਾਵ ਇਹ ਹੁੰਦਾ ਹੈ ਕਿ ਜਿਸ ਸਬਜੀ ਨੂੰ ਕੀੜੇ ਖਾ ਸਕਦੇ ਹਨ, ਉਸਨੂੰ ਮਨੁੱਖ ਵੀ ਖਾ ਸਕਦਾ ਹੈ।
ਤਰਾਸਦੀ ਇਹ ਹੈ ਕਿ ਪ੍ਰਸ਼ਾਸ਼ਨ ਨੂੰ ਇਸ ਸਾਰੇ ਕੁੱਝ ਦੀ ਪੂਰੀ ਜਾਣਕਾਰੀ ਹੋਣ ਦੇ ਬਾਵਜੂਦ, ਟੀਕੇ ਲਗਾ ਕੇ ਤਿਆਰ ਕੀਤੀਆਂ ਸਬਜੀਆਂ ਬਾਜਾਰ ਵਿੱਚ ਸ਼ਰੇਆਮ ਵੇਚੀਆਂ ਜਾਂਦੀਆਂ ਹਨ ਪਰੰਤੂ ਖੁਰਾਕ ਸੁਰਖਿਆ ਵਿਭਾਗ (ਜਿਸ ਉੱਪਰ ਅਜਿਹੀਆਂ ਵਸਤਾਂ ਦੀ ਵਿਕਰੀ ਤੇ ਰੋਕ ਲਗਾਉਣ ਦੀ ਜਿੰਮੇਵਾਰੀ ਹੈ) ਵਲੋਂ ਅਜਿਹੀਆਂ ਸਬਜੀਆਂ ਦੀ ਵਿਕਰੀ ਤੇ ਰੋਕ ਲਗਾਉਣ ਲਈ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ਸੰਬੰਧੀ ਲੋਕਾਂ ਵਿੱਚ ਹੁੰਦੀ ਆਮ ਚਰਚਾ ਦੇ ਬਾਵਜੂਦ ਅਜਿਹੇ ਸਬਜੀ ੳਤਪਾਦਕਾਂ ਅਤੇ ਫਲ ਵੇਚਣ ਵਾਲਿਆਂ ਦੇ ਖਿਲਾਫ ਕੋਈ ਕਾਰਵਾਈ ਨਹੀਂ ਹੁੰਦੀ ਅਤੇ ਉਹ ਆਪਣੀਆਂ ਕਾਰਵਾਈਆਂ ਨੂੰ ਸ਼ਰੇਆਮ ਅੰਜਾਮ ਦਿੰਦੇ ਰਹਿੰਦੇ ਹਨ। ਇਹ ਵੀ ਕਿਹਾ ਜਾ ਸਕਦਾ ਹੈ ਕਿ ਸਾਡੇ ਦੇਸ਼ ਦਾ ਸਿਸਟਮ ਹੀ ਕੁੱਝ ਅਜਿਹਾ ਬਣ ਗਿਆ ਹੈ ਕਿ ਇੱਥੇ ਹਰ ਵਿਅਕਤੀ ਨੂੰ ਇਹ ਜਾਣਕਾਰੀ ਹੁੰਦੀ ਹੈ ਕਿ ਕੁੱਝ ਲੋਕਾਂ ਵਲੋਂ ਆਪਣੇ ਨਿੱਜੀ ਫਾਇਦੇ ਲਈ ਹੋਰਨਾਂ ਲੋਕਾਂ ਦੀਆਂ ਜਿੰਦਗੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਪਰੰਤੂ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਅੰਨਾ ਬੋਲਾ ਬਣਿਆ ਰਹਿੰਦਾ ਹੈ ਅਤੇ ਅਜਿਹੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿੰਦੀਆਂ ਹਨ।
ਸਥਾਨਕ ਪ੍ਰਸ਼ਾਸ਼ਨ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਆਮ ਲੋਕਾਂ ਨੂੰ ਫਲਾਂ ਅਤੇ ਸਬਜੀਆਂ ਦੇ ਰੂਪ ਵਿੱਚ ਵੇਚੇ ਜਾ ਰਹੇ ਇਸ ਜਹਿਰ ਦੀ ਵਿਕਰੀ ਤੇ ਕਾਬੂ ਕਰਨ ਲਈ ਸਖਤ ਕਦਮ ਚੁੱਕੇ ਅਤੇ ਬਾਜਾਰ ਵਿੱਚ ਮਸਾਲਿਆਂ, ਕੈਮੀਕਲਾਂ ਨਾਲ ਪਕਾਏ ਹੋਏ ਫਲਾਂ ਅਤੇ ਸਬਜੀਆਂ ਦੀ ਵਿਕਰੀ ਤੇ ਪੂਰੀ ਤਰ੍ਹਾਂ ਰੋਕ ਲਗਾਈ ਜਾਵੇ। ਜਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਚਾਹੀਦਾ ਹੈ ਕਿ ਉਹ ਖੁਦ ਇਸ ਪਾਸੇ ਧਿਆਨ ਦੇਣ ਅਤੇ ਇਸ ਸੰਬੰਧੀ ਜਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਕੇ ਬਣਦੀ ਕਾਰਵਾਈ ਨੂੰ ਯਕੀਨੀ ਬਣਾਉਣ ਤਾਂ ਜੋ ਆਮ ਲੋਕਾਂ ਦੀ ਸਿਹਤ ਨਾਲ ਖਿਲਵਾੜ ਦੀ ਇਸ ਕਾਰਵਾਈ ਤੇ ਮੁਕੰਮਲ ਰੋਕ ਲੱਗੇ।
Editorial
ਮੁੱਖ ਚੋਣ ਕਮਿਸ਼ਨਰ ਦੀ ਨਿਰਪੱਖਤਾ ਤੇ ਉਠਦੇ ਸਵਾਲ
ਭਾਰਤ ਦੇ ਮੁੱਖ ਚੋਣ ਕਮਿਸ਼ਨਰ ਬਾਰੇ ਅੱਜ ਕੱਲ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਬਹੁਤ ਕੁਝ ਕਿਹਾ ਜਾ ਰਿਹਾ ਹੈ ਅਤੇ ਦੋਸ਼ ਲਗਾਇਆ ਜਾ ਰਿਹਾ ਹੈ ਕਿ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਮੋਦੀ ਸਰਕਾਰ ਦੇ ਪੱਖ ਵਿੱਚ ਭੁਗਤ ਰਹੇ ਹਨ ਅਤੇ ਲਗਾਤਾਰ ਅਜਿਹੇ ਫੈਸਲੇ ਕਰ ਰਹੇ ਹਨ ਜਿਸ ਨਾਲ ਭਾਜਪਾ ਨੂੰ ਫਾਇਦਾ ਪਹੁੰਚਦਾ ਹੈ।
ਭਾਰਤ ਦੇ ਦੋ ਚੋਣ ਕਮਿਸ਼ਨਰਾਂ ਵੱਲੋਂ ਵੀ ਮੁੱਖ ਚੋਣ ਕਮਿਸ਼ਨਰ ਦੀ ਕਾਰਗੁਜਾਰੀ ਬਾਰੇ ਸਵਾਲ ਉਠਾਏ ਗਏ ਹਨ। ਇਸ ਦੌਰਾਨ ਮੁੱਖ ਚੋਣ ਕਮਿਸ਼ਨਰ ਦਾ ਮਾਮਲਾ ਸੁਪਰੀਮ ਕੋਰਟ ਵੀ ਪਹੁੰਚ ਗਿਆ ਹੈ ਅਤੇ ਸੁਪਰੀਮ ਕੋਰਟ ਨੇ ਵੀ ਕਿਹਾ ਹੈ ਕਿ ਚੋਣ ਕਮਿਸ਼ਨ ਨੇ ਜਿਹੜੇ ਫੈਸਲੇ ਸਰਬਸੰਮਤੀ ਨਾਲ ਨਹੀਂ ਕੀਤੇ, ਉਹ ਫੈਸਲੇ ਰੱਦ ਕੀਤੇ ਜਾਣਗੇ।
ਭਾਰਤ ਵਿੱਚ ਪਿਛਲੇ ਕੁਝ ਸਮੇਂ ਤੋਂ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਅਤੇ ਇੰਡੀਆ ਗਠਜੋੜ ਦੇ ਹੋਰ ਮੁੱਖ ਆਗੂਆਂ ਵੱਲੋਂ ਮੁੱਖ ਚੋਣ ਕਮਿਸ਼ਨਰ ਦੀ ਕਾਰਗੁਜਾਰੀ ਤੇ ਸਵਾਲ ਉਠਾਏ ਜਾ ਰਹੇ ਹਨ। ਰਾਹੁਲ ਗਾਂਧੀ ਅਤੇ ਹੋਰ ਆਗੂ ਤਾਂ ਵਾਰ ਵਾਰ ਦੋਸ਼ ਲਗਾ ਰਹੇ ਹਨ ਕਿ ਚੋਣ ਕਮਿਸ਼ਨ ਵੱਲੋਂ ਵੋਟਾਂ ਦੀ ਸੁਧਾਈ ਦੇ ਬਹਾਨੇ ਲੱਖਾਂ ਵੋਟਰਾਂ ਦੀਆਂ ਵੋਟਾਂ ਕੱਟ ਦਿੱਤੀਆਂ ਗਈਆਂ ਹਨ। ਕਈ ਆਗੂ ਤਾਂ ਇਹ ਵੀ ਦੋਸ਼ ਲਗਾਉਂਦੇ ਹਨ ਕਿ ਚੋਣ ਕਮਿਸ਼ਨ ਵੱਲੋਂ ਜਿਹੜੇ ਲੋਕਾਂ ਦੀਆਂ ਵੋਟਾਂ ਕੱਟੀਆਂ ਗਈਆਂ ਹਨ, ਉਹ ਭਾਜਪਾ ਵਿਰੋਧੀ ਪਾਰਟੀਆਂ ਨੂੰ ਵੋਟਾਂ ਪਾਉਂਦੇ ਸਨ, ਇਸ ਕਾਰਨ ਉਹਨਾਂ ਦੀਆਂ ਵੋਟਾਂ ਹੀ ਕੱਟ ਦਿਤੀਆਂ ਗਈਆਂ ਤਾਂ ਕਿ ਭਾਜਪਾ ਵਿਰੋਧੀ ਪਾਰਟੀਆਂ ਨੂੰ ਘੱਟ ਵੋਟਾਂ ਪੈਣ।
ਵਿਰੋਧੀ ਆਗੂ ਚੋਣ ਕਮਿਸ਼ਨ ਅਤੇ ਮੋਦੀ ਸਰਕਾਰ ਨੂੰ ਵੋਟ ਚੋਰ ਵੀ ਕਹਿ ਰਹੇ ਹਨ। ਇਸ ਤੋਂ ਇਲਾਵਾ ਵੋਟਿੰਗ ਮਸ਼ੀਨਾਂ ਬਾਰੇ ਵੀ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਲਗਾਤਾਰ ਸਵਾਲ ਉਠਾਏ ਜਾਂਦੇ ਰਹੇ ਹਨ ਅਤੇ ਮੰਗ ਕੀਤੀ ਜਾਂਦੀ ਹੈ ਕਿ ਭਾਰਤ ਵਿੱਚ ਚੋਣਾਂ ਵੋਟਿੰਗ ਮਸ਼ੀਨਾਂ ਦੀ ਥਾਂ ਬੈਲਟ ਪੇਪਰਾਂ ਨਾਲ ਕਰਵਾਈਆਂ ਜਾਣ। ਵਿਰੋਧੀ ਆਗੂ ਤਰਕ ਦਿੰਦੇ ਹਨ ਕਿ ਵਿਸ਼ਵ ਦੇ ਵਿਕਸਤ ਦੇਸ਼ਾਂ ਨੇ ਵੀ ਵੋਟਿੰਗ ਮਸ਼ੀਨਾਂ ਨੂੰ ਰੱਦ ਕਰਕੇ ਬੈਲਟ ਪੇਪਰਾਂ ਰਾਹੀਂ ਵੋਟਿੰਗ ਕਰਵਾਉਂਦੇ ਹਨ। ਇਸ ਤਰ੍ਹਾਂ ਦਾ ਸਿਸਟਮ ਭਾਰਤ ਵਿੱਚ ਵੀ ਲਾਗੂ ਕੀਤਾ ਜਾ ਸਕਦਾ ਹੈ।
ਭਾਰਤ ਵਿੱਚ ਕੁਝ ਸਾਲ ਪਹਿਲਾਂ ਵੋਟਾਂ ਬੈਲਟ ਪੇਪਰ ਰਾਹੀਂ ਹੀ ਪੈਂਦੀਆਂ ਸਨ ਪਰ ਬਾਅਦ ਵਿੱਚ ਵੋਟਿੰਗ ਮਸ਼ੀਨਾਂ ਰਾਹੀਂ ਵੋਟਾਂ ਪਵਾਈਆਂ ਜਾਣ ਲੱਗੀਆਂ। ਅਕਸਰ ਵੋਟਿੰਗ ਮਸ਼ੀਨਾਂ ਦੀ ਕਾਰਗੁਜਾਰੀ ਤੇ ਸਵਾਲ ਉਠਾਏ ਜਾਂਦੇ ਹਨ। ਹੁਣ ਤਾਂ ਚੋਣ ਕਮਿਸ਼ਨ ਤੇ ਵੋਟ ਚੋਰੀ ਅਤੇ ਵਿਰੋਧੀ ਪਾਰਟੀਆਂ ਦੇ ਸਮਰਥਕ ਵੋਟਰਾਂ ਦੀਆਂ ਵੋਟਾਂ ਕੱਟਣ ਦਾ ਵੱਡਾ ਇਲਜ਼ਾਮ ਲਾਇਆ ਜਾ ਰਿਹਾ ਹੈ। ਜਿਸ ਨੂੰ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ।
ਲੋਕਤੰਤਰ ਵਿੱਚ ਵੋਟਾਂ ਦਾ ਕੰਮ ਸਹੀ ਤਰੀਕੇ ਨਾਲ ਕਰਵਾਉਣ ਲਈ ਚੋਣ ਕਮਿਸ਼ਨ ਦਾ ਨਿਰਪੱਖ ਹੋਣਾ ਬਹੁਤ ਜ਼ਰੂਰੀ ਹੈ। ਜੇ ਚੋਣ ਕਮਿਸ਼ਨ ਹੀ ਸਰਕਾਰ ਦੇ ਪੱਖ ਵਿੱਚ ਭੁਗਤੇਗਾ ਤਾਂ ਨਿਰਪੱਖ ਚੋਣਾਂ ਹੋਣ ਦੀ ਆਸ ਮੱਧਮ ਹੋਵੇਗੀ। ਹਰ ਪਾਰਟੀ ਲਗਾਤਾਰ ਸੱਤਾ ਵਿੱਚ ਰਹਿਣ ਲਈ ਚੋਣ ਕਮਿਸ਼ਨ ਨੂੰ ਆਪਣੇ ਪੱਖ ਵਿੱਚ ਕਰਨ ਦਾ ਯਤਨ ਕਰਦੀ ਹੈ ਪਰ ਵਿਰੋਧੀ ਆਗੂ ਕਹਿ ਰਹੇ ਹਨ ਕਿ ਭਾਜਪਾ ਵੱਲੋਂ ਚੋਣ ਕਮਿਸ਼ਨ ਨੂੰ ਆਪਣਾ ਮੋਹਰਾ ਬਣਾ ਕੇ ਲਗਾਤਾਰ ਸੱਤਾ ਪ੍ਰਾਪਤ ਕੀਤੀ ਜਾ ਰਹੀ ਹੈ।
ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਅਕਸਰ ਦੋਸ਼ ਲਗਾਉਂਦੀ ਹੈ ਕਿ ਵੋਟਾਂ ਦੀ ਸੁਧਾਈ ਦੇ ਬਹਾਨੇ ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਹਨਾਂ ਦੀ ਪਾਰਟੀ ਦੇ ਲੱਖਾਂ ਵੋਟਰਾਂ ਦੀਆਂ ਵੋਟਾਂ ਹੀ ਕੱਟ ਦਿੱਤੀਆਂ ਗਈਆਂ, ਜਿਸ ਕਾਰਨ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਜੇਤੂ ਹੋ ਕੇ ਸਰਕਾਰ ਬਣਾਉਣ ਵਿੱਚ ਕਾਮਯਾਬ ਹੋ ਗਈ। ਮਮਤਾ ਬੈਨਰਜੀ ਨੇ ਵੀ ਬਹੁਤ ਵਾਰ ਭਾਰਤ ਦੇ ਚੋਣ ਕਮਿਸ਼ਨ ਦੀ ਕਾਰਗੁਜਾਰੀ ਤੇ ਵੱਡੇ ਸਵਾਲ ਉਠਾਏ ਹਨ।
ਚਾਹੀਦਾ ਤਾਂ ਇਹ ਹੈ ਕਿ ਭਾਰਤ ਦੇ ਚੋਣ ਕਮਿਸ਼ਨ ਦੀ ਕਾਰਗੁਜਾਰੀ ਵਿੱਚ ਸੁਧਾਰ ਲਿਆਂਦਾ ਜਾਵੇ ਤੇ ਚੋਣ ਕਮਿਸ਼ਨ ਨਿਰਪੱਖ ਤਰੀਕੇ ਨਾਲ ਹਰ ਤਰ੍ਹਾਂ ਦੀਆਂ ਚੋਣਾਂ ਕਰਵਾਏ। ਲੋਕਤੰਤਰ ਨੂੰ ਕਾਇਮ ਰੱਖਣ ਲਈ ਭਾਰਤ ਦੇ ਚੋਣ ਕਮਿਸ਼ਨ ਦਾ ਨਿਰਪੱਖ ਹੋਣਾ ਬਹੁਤ ਜ਼ਰੂਰੀ ਹੈ।
ਬਿਊਰੋ
Editorial
ਕਿਹੜੇ ਪਾਸੇ ਤੁਰ ਪਿਆ ਸਮਾਜ?
ਪਿਛਲੇ ਦਿਨੀਂ ਬਰਨਾਲਾ ਸ਼ਹਿਰ ਵਿਖੇ ਪ੍ਰਸਿੱਧ ਗਾਇਕ ‘ਬੱਬੂ ਮਾਨ’ ਦੇ ਸ਼ੋਅ ਮੌਕੇ ਇਕੱਤਰ ਹੋਈ ਭੀੜ ਏਨੀ ਜਿਆਦਾ ਉਤੇਜਿਤ ਹੋ ਗਈ ਸੀ ਕਿ ਹਾਲਾਤ ਤੇ ਕਾਬੂ ਕਰਨ ਲਈ ਪੁਲੀਸ ਨੂੰ ਲਾਠੀਚਾਰਜ ਕਰਨਾ ਪਿਆ ਸੀ ਅਤੇ ਪੁਲੀਸ ਤੇ ਪ੍ਰਸ਼ਾਸਨ ਨੇ ਬਹੁਤ ਮੁਸ਼ਕਿਲ ਨਾਲ ਸਥਿਤੀ ਤੇ ਕਾਬੂ ਪਾਇਆ ਸੀ।
ਇਸ ਦੌਰਾਨ ਨੌਜਵਾਨਾਂ ਵਿੱਚ ਹੁੰਦੇ ਆਪਸੀ ਝਗੜਿਆਂ ਦੀਆਂ ਘਟਨਾਵਾਂ ਵੀ ਲਗਾਤਾਰ ਵੱਧ ਰਹੀਆਂ ਹਨ ਅਤੇ ਇਹਨਾਂ ਝਗੜਿਆਂ ਦੌਰਾਨ ਅਕਸਰ ਨੌਜਵਾਨ ਜਖਮੀ ਵੀ ਹੁੰਦੇ ਹਨ। ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਵਸੇ ਪਿੰਡਾਂ ਵਿਦਿਆ ਨਗਰ, ਪ੍ਰੋਫ਼ੈਸਰ ਕਾਲੋਨੀ ਅਤੇ ਕਰਹੇੜੀ ਵਿੱਚ ਨੌਜਵਾਨਾਂ ਦੇ ਆਪਸੀ ਝਗੜੇ ਦੀਆਂ ਘਟਨਾਵਾਂ ਆਮ ਦਿਨ ਵਾਪਰਦੀਆਂ ਹਨ ਅਤੇ ਇਹਨਾਂ ਝਗੜਿਆਂ ਵਿੱਚ ਅਕਸਰ ਨੌਜਵਾਨਾਂ ਵੱਲੋਂ ਕ੍ਰਿਪਾਨਾਂ, ਕਿਰਚਾਂ ਅਤੇ ਚਾਕੂਆਂ ਦੀ ਵਰਤੋ ਕੀਤੀ ਜਾਂਦੀ ਹੈ। ਝਗੜਾ ਕਰਨ ਵਾਲੇ ਇਹ ਹਥਿਆਰਬੰਦ ਨੌਜਵਾਨ ਪੁਲੀਸ ਦੇ ਮੌਕੇ ਤੇ ਪਹੁੰਚਣ ਤੋਂ ਪਹਿਲਾਂ ਹੀ ਗਾਇਬ ਹੋ ਜਾਂਦੇ ਹਨ ਅਤੇ ਇਹਨਾਂ ਤੋਂ ਡਰਦਾ ਕੋਈ ਵੀ ਵਿਅਕਤੀ ਪੁਲੀਸ ਕੋਲ ਇਹਨਾਂ ਬਾਰੇ ਕੋਈ ਬਿਆਨ ਨਹੀਂ ਦਿੰਦਾ।
ਇਹਨਾਂ ਨੌਜਵਾਨਾਂ ਵਿੱਚ ਵੱਡੀ ਗਿਣਤੀ ਯੂਨੀਵਰਸਿਟੀ ਜਾਂ ਕਿਸੇ ਕਾਲਜ ਦੇ ਵਿਦਿਆਰਥੀ ਵੀ ਹੁੰਦੇ ਹਨ ਜੋ ਕਿ ਆਪਣਾ ਧਿਆਨ ਪੜਾਈ ਵਿੱਚ ਲਗਾਉਣ ਦੀ ਥਾਂ ਮਟਰਗਸ਼ਤੀ ਅਤੇ ਬਦਮਾਸ਼ੀ ਵਿੱਚ ਵਧੇਰੇ ਲਗਾਉਂਦੇ ਹਨ। ਕੁਝ ਸਮਾਂ ਪਹਿਲਾਂ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਵਾਲੇ ਇਲਾਕੇ ਵਿੱਚ ਇੱਕ ਵਿਦਿਆਰਥੀ ਦਾ ਕਤਲ ਵੀ ਕਰ ਦਿੱਤਾ ਗਿਆ ਸੀ, ਜਿਸ ਤੋਂ ਪਤਾ ਚਲਦਾ ਹੈ ਕਿ ਇਸ ਇਲਾਕੇ ਵਿੱਚ ਹਾਲਾਤ ਕਿੰਨੇ ਚਿੰਤਾਜਨਕ ਹਨ।
ਅਕਸਰ ਹੀ ਵੱਖ ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਵੀ ਵਿਦਿਆਰਥੀਆਂ ਦੇ ਵੱਖ ਵੱਖ ਧੜਿਆਂ ਵਿੱਚ ਲੜਾਈਆਂ ਤੇ ਝੜੱਪਾਂ ਹੁੰਦੀਆਂ ਰਹਿੰਦੀਆਂ ਹਨ। ਇਹਨਾਂ ਝੜੱਪਾਂ ਵਿੱਚ ਅਕਸਰ ਕ੍ਰਿਪਾਨਾਂ, ਕਿਰਚਾਂ ਅਤੇ ਚਾਕੂਆਂ ਦੀ ਸ਼ਰੇਆਮ ਵਰਤੋ ਕੀਤੀ ਜਾਂਦੀ ਹੈ। ਕਈ ਵਾਰ ਤਾਂ ਕੁਝ ਵਿਦਿਆਰਥੀ ਪਿਸਤੋਲ ਤੇ ਰਿਵਾਲਵਰ ਨਾਲ ਵੀ ਫਾਇਰ ਕਰ ਦਿੰਦੇ ਹਨ, ਜਿਸ ਨਾਲ ਦਹਿਸ਼ਤ ਫੈਲ ਜਾਂਦੀ ਹੈ। ਵੱਖ ਵੱਖ ਸੜਕਾਂ ਤੇ ਜਾਂਦੇ ਵਾਹਨ ਜੇ ਆਪਸ ਵਿੱਚ ਖਹਿ ਜਾਣ ਤਾਂ ਵਾਹਨ ਸਵਾਰਾਂ ਦੀ ਅਕਸਰ ਆਪਸ ਵਿੱਚ ਲੜਾਈ ਹੋ ਜਾਂਦੀ ਹੈ ਅਤੇ ਦੋਵੇਂ ਇੱਕ ਦੂਜੇ ਦਾ ਕਤਲ ਤੱਕ ਕਰਨ ਤੱਕ ਜਾਂਦੇ ਹਨ।
ਅਜਿਹਾ ਕੁਝ ਵੇਖ ਕੇ ਵੱਖ ਵੱਖ ਬੁੱਧੀਜੀਵੀ ਸਵਾਲ ਕਰਦੇ ਹਨ ਕਿ ਸਮਾਜ ਹੁਣ ਕਿਹੜੇ ਪਾਸੇ ਤੁਰ ਪਿਆ ਹੈ? ਆਮ ਲੋਕਾਂ ਵਿੱਚ ਸ਼ਹਿਣਸ਼ਕਤੀ ਦੀ ਘਾਟ ਹੋ ਗਈ ਹੈ। ਕੁਝ ਵਿਦਵਾਨ ਕਹਿੰਦੇ ਹਨ ਕਿ ਪੰਜਾਬ ਵਿੱਚ ਨਸ਼ਾ ਪ੍ਰਚਲਿਤ ਹੋਣ ਕਾਰਨ ਅਕਸਰ ਨਸ਼ੇੜੀ ਲੋਕ ਆਪਸ ਵਿੱਚ ਲੜ ਪੈਂਦੇ ਹਨ ਪਰ ਕਈ ਵਾਰ ਤਾਂ ਪੜੇ ਲਿਖੇ ਅਤੇ ਸਿਆਣੇ ਸਮਝੇ ਜਾਂਦੇ ਲੋਕਾਂ ਨੂੰ ਵੀ ਆਪਸ ਵਿੱਚ ਲੜਾਈ ਝਗੜੇ ਕਰਦਿਆਂ ਵੇਖਿਆ ਜਾਂਦਾ ਹੈ। ਕਈ ਵਾਰ ਤਾਂ ਗਲੀਆਂ ਵਿੱਚ ਖੇਡ ਰਹੇ ਬੱਚਿਆਂ ਦੀ ਮਾਮੂਲੀ ਲੜਾਈ ਉਹਨਾਂ ਦੇ ਮਾਪਿਆਂ ਲਈ ਸਿਰ ਪਾੜਨ ਤੇ ਲੱਤਾਂ ਬਾਹਾਂ ਤੋੜਨ ਵਾਲੀ ਲੜਾਈ ਤੱਕ ਪਹੁੰਚ ਜਾਂਦੀ ਹੈ।
ਸਮਾਜ ਦੇ ਮੋਹਰੀ ਆਗੂਆਂ ਅਤੇ ਵੱਖ ਵੱਖ ਸੰਤਾਂ ਮਹਾਂਪੁਰਸ਼ਾਂ ਨੂੰ ਚਾਹੀਦਾ ਹੈ ਕਿ ਉਹ ਆਮ ਲੋਕਾਂ ਨੂੰ ਸਹਿਣਸ਼ੀਲ ਰਹਿਣ ਦਾ ਉਪਦੇਸ਼ ਦੇਣ ਅਤੇ ਹਰ ਇੱਕ ਵਿਅਕਤੀ ਨੂੰ ਸ਼ਾਂਤੀ ਰੱਖਣ ਦਾ ਪ੍ਰਵਚਨ ਦਿੱਤਾ ਜਾਵੇ ਤਾਂ ਕਿ ਸਮਾਜ ਨੂੰ ਸਹੀ ਦਿਸ਼ਾ ਵਿੱਚ ਅੱਗੇ ਲਿਆਂਦਾ ਜਾ ਸਕੇ।
ਬਿਊਰੋ
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
