Chandigarh
ਭ੍ਰਿਸ਼ਟਾਚਾਰ ਦਾ ਅੱਡਾ ਬਣ ਚੁੱਕਿਆ ਹੈ ਗਮਾਡਾ : ਮਾਲਵਿੰਦਰ ਸਿੰਘ ਕੰਗ
‘ਆਪ’ ਦੇ ਸੰਸਦ ਮੈਂਬਰ ਕੰਗ ਵਲੋਂ ਮੁੱਖ ਮੰਤਰੀ ਤੋਂ ਗਮਾਡਾ ਦੇ ਭ੍ਰਿਸ਼ਟ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ
ਚੰਡੀਗੜ੍ਹ, 26 ਅਗਸਤ (ਸ.ਬ.) ਆਮ ਆਦਮੀ ਪਾਰਟੀ ਦੇ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਨੂੰ ਭ੍ਰਿਸ਼ਟਾਚਾਰ ਦਾ ਅੱਡਾ ਕਰਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਖਲ ਦੇ ਕੇ ਇਸ ਅਦਾਰੇ ਵਿਚਲੇ ਅਫਸਰਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।
ਬੀਤੇ ਦਿਨੀਂ ਮੁਹਾਲੀ ਦੇ ਪਿੰਡ ਸੈਣੀ ਮਾਜਰਾ ਵਿੱਚ ਗਮਾਡਾ ਅਧਿਕਾਰੀਆਂ ਵੱਲੋਂ ਕੀਤੀ ਗਈ ਦੁਕਾਨਾਂ ਦੀ ਤੋੜ-ਭੰਨ ਤੇ ਪ੍ਰਤੀਕਿਰਿਆ ਦਿੰਦਿਆਂ ਸ਼ਹਿਰੀ ਵਿਕਾਸ ਅਥਾਰਟੀ ਦੇ ਅਧਿਕਾਰੀਆਂ ਪ੍ਰਤੀ ਆਪਣੀ ਨਾਰਾਜ਼ਗੀ ਜ਼ਾਹਿਰ ਕਰਦਿਆਂ ਉਨ੍ਹਾਂ ਕਿਹਾ ਕਿ ਗਮਾਡਾ ਲੁੱਟ ਦਾ ਕੇਂਦਰ ਬਣ ਗਿਆ ਹੈ। ਮੁਹਾਲੀ ਦਾ ਇਹ ਪਿੰਡ ਉਨ੍ਹਾਂ ਦੇ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦਾ ਹਿੱਸਾ ਹੈ। ਉਨ੍ਹਾਂ ਕਿਹਾ, ਕਿ ਮੈਨੂੰ ਪਿੰਡ ਦੇ ਲੋਕਾਂ ਦੇ ਕਈ ਫ਼ੋਨ ਆਏ ਕਿ ਇਹ ਤੋੜ-ਭੰਨ ਚੁਣ ਕੇ ਕੀਤੀ ਗਈ ਹੈ। ਮੈਂ ਅਥਾਰਟੀ ਦੇ ਅਧਿਕਾਰੀਆਂ ਨੂੰ ਫ਼ੋਨ ਕਰਕੇ ਕਿਹਾ ਕਿ ਉਨ੍ਹਾਂ ਨੂੰ ਨਿਰਪੱਖ ਹੋਣਾ ਚਾਹੀਦਾ ਹੈ ਅਤੇ ਜਾਂ ਤਾਂ ਸਾਰਿਆਂ ਦੇ ਨਾਜਾਇਜ਼ ਕਬਜ਼ੇ ਹਟਾਏ ਜਾਣ ਜਾਂ ਫਿਰ ਸਾਰਿਆਂ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਜਾਵੇ।
ਉਨ੍ਹਾਂ ਕਿਹਾ ਕਿ ਮੈਂ ਮੁੱਖ ਮੰਤਰੀ ਦਾ ਧਿਆਨ ਇਸ ਪਾਸੇ ਖਿੱਚਣਾ ਚਾਹੁੰਦਾ ਹਾਂ ਕਿ ਅਥਾਰਟੀ ਵਿੱਚ ਭ੍ਰਿਸ਼ਟਾਚਾਰ ਬਹੁਤ ਵਧ ਗਿਆ ਹੈ ਅਤੇ ਸਾਨੂੰ ਉੱਥੇ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਦੀ ਲੋੜ ਹੈ। ਉਹਨਾਂ ਇਲਜਾਮ ਲਗਾਇਆ ਕਿ ਜਿਹੜੇ ਅਧਿਕਾਰੀ ਦੁਕਾਨਦਾਰਾਂ ਤੋਂ ਰਿਸ਼ਵਤ ਲੈਂਦੇ ਹਨ, ਉਨ੍ਹਾਂ ਨੂੰ ਛੱਡ ਦਿੱਤਾ ਜਾਂਦਾ ਹੈ ਅਤੇ ਜਿਹੜੇ ਪੈਸੇ ਨਹੀਂ ਦਿੰਦੇ, ਉਨ੍ਹਾਂ ਦੀਆਂ ਦੁਕਾਨਾਂ ਤੋੜ ਦਿੱਤੀਆਂ ਜਾਂਦੀਆਂ ਹਨ। ਸੰਸਦ ਮੈਂਬਰ ਨੇ ਕਿਹਾ ਕਿ ਉਨ੍ਹਾਂ ਨੇ ਬੀਤੀ ਦੇਰ ਰਾਤ ਇਸ ਮੁੱਦੇ ਤੇ ਗਮਾਡਾ ਦੇ ਮੁੱਖ ਪ੍ਰਸ਼ਾਸਕ (ਚੀਫ਼ ਐਡਮਿਨਿਸਟਰੇਟਰ) ਸੰਦੀਪ ਰਿਸ਼ੀ ਨਾਲ ਗੱਲ ਕੀਤੀ ਸੀ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਵਿੱਚ ਅਸਫਲ ਰਹਿਣ ਲਈ ਉਨ੍ਹਾਂ ਨੂੰ ਝਾੜ ਪਾਈ ਸੀ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਮੁੱਖ ਮੰਤਰੀ ਗ਼ਰੀਬ ਲੋਕਾਂ ਤੇ ਹੋ ਰਹੇ ਇਸ ਜ਼ੁਲਮ ਨੂੰ ਰੋਕਣ ਅਤੇ ਸਾਰੇ ਭ੍ਰਿਸ਼ਟ ਅਧਿਕਾਰੀਆਂ ਦਾ ਤਬਾਦਲਾ ਕਰਨ।
ਉਹਨਾਂ ਕਿਹਾ ਕਿ ਇਹ ਗ਼ਰੀਬ ਲੋਕ ਹਨ, ਜੋ ਮੁਸ਼ਕਿਲ ਨਾਲ ਆਪਣਾ ਪੇਟ ਭਰਨ ਜੋਗਾ ਕਮਾਉਂਦੇ ਹਨ। ਉਨ੍ਹਾਂ ਦੀਆਂ ਦੁਕਾਨਾਂ/ ਅਦਾਰਿਆਂ ਤੇ ਹੀ ‘ਪੀਲੇ ਪੰਜੇ’ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਉਹ ਭਲਕੇ ਵੀਰਵਾਰ ਨੂੰ ਗਮਾਡਾ ਅਧਿਕਾਰੀਆਂ ਵਿਰੁੱਧ ਰੋਸ ਪ੍ਰਦਰਸ਼ਨ ਦੀ ਅਗਵਾਈ ਕਰਨਗੇ।
ਹਾਲਾਂਕਿ ਇਹ ਪਹਿਲਾ ਮੌਕਾ ਨਹੀਂ ਹੈ ਕਿ ਜਦੋਂ ਕੰਗ ਨੇ ਆਪਣੀ ਹੀ ਪਾਰਟੀ ਖ਼ਿਲਾਫ਼ ਬਿਆਨ ਦਿੱਤਾ ਹੋਵੇ। ਕੁਝ ਮਹੀਨੇ ਪਹਿਲਾਂ ਜਦੋਂ ਸੱਤ ‘ਆਪ’ ਰਾਜ ਸਭਾ ਮੈਂਬਰ ਅਸਤੀਫ਼ਾ ਦੇ ਕੇ ਭਾਜਪਾ ਵਿੱਚ ਗਏ ਸੀ ਤਾਂ ਕੰਗ ਨੇ ਪਾਰਟੀ ਵਿੱਚ ਕੁਝ ਵਿਅਕਤੀਆਂ ਕੋਲ ਤਾਕਤ ਕੇਂਦਰਿਤ ਹੋਣ ਅਤੇ ਪਾਰਟੀ ਦੇ ਟੁੱਟਣ ਲਈ ਅੰਦਰੂਨੀ ਗੱਲਬਾਤ ਦੀ ਘਾਟ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਕੰਗ ਨੇ ਬਠਿੰਡਾ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਿਰੁੱਧ ਪੰਜਾਬ ਪੁਲੀਸ ਦੀ ਕਾਰਵਾਈ ਦੀ ਆਲੋਚਨਾ ਕੀਤੀ ਸੀ ਅਤੇ ਆਪਣੀ ਹੀ ਪਾਰਟੀ (ਆਪ) ਦੀ ਸਰਕਾਰ ਵਾਲੇ ਸੂਬੇ ਵਿੱਚ ਗ਼ੈਰ-ਕਾਨੂੰਨੀ ਰੇਤ ਮਾਈਨਿੰਗ ਦੇ ਕੰਮਾਂ ਤੇ ਵੀ ਸਵਾਲ ਉਠਾਏ ਸਨ।
ਜ਼ਿਕਰਯੋਗ ਹੈ ਕਿ ਮਾਲਵਿੰਦਰ ਸਿੰਘ ਕੰਗ ਪਹਿਲਾਂ ਭਾਜਪਾ ਵਿੱਚ ਹੁੰਦੇ ਸਨ ਪਰੰਤੂ ਭਾਜਪਾ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਉਹਨਾਂ ਨੇ 2020 ਵਿੱਚ ਭਾਜਪਾ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਨ੍ਹਾਂ ਤਿੰਨਾਂ ਕਾਨੂੰਨਾਂ ਵਿਰੁੱਧ ਹੀ ਕਿਸਾਨਾਂ ਨੇ ਦਿੱਲੀ ਦੀਆਂ ਹੱਦਾਂ ਤੇ ਸਾਲ ਭਰ ਸੰਘਰਸ਼ ਕੀਤਾ ਸੀ। ਇਸ ਤੋਂ ਬਾਅਦ ਕੰਗ ‘ਆਪ’ ਵਿੱਚ ਸ਼ਾਮਲ ਹੋ ਗਏ ਸਨ। ਪਿਛਲੇ ਸਾਲ, ਉਹ ਲੈਂਡ ਪੂਲਿੰਗ ਨੀਤੀ (ਲੈਂਡ ਪਾਲਿਸੀ) ਵਿਰੁੱਧ ਬੋਲਣ ਵਾਲੇ ‘ਆਪ’ ਵਿੱਚ ਪਹਿਲੇ ਵਿਅਕਤੀ ਸਨ। ਇਸ ਪਾਲਿਸੀ ਦਾ ਕਿਸਾਨਾਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ ਸੀ। ਸਾਲ 2024 ਦੀਆਂ ਆਮ ਚੋਣਾਂ ਵਿੱਚ ‘ਆਪ’ ਦੇ ਕਾਫ਼ੀ ਮਾੜੇ ਪ੍ਰਦਰਸ਼ਨ ਤੋਂ ਬਾਅਦ ਕੰਗ ਨੇ ਵਿਧਾਇਕਾਂ ਅਤੇ ਵੋਟਰਾਂ ਵਿਚਕਾਰ ਪਾੜੇ ਬਾਰੇ ਗੱਲ ਕੀਤੀ ਸੀ, ਜਿਸ ਕਾਰਨ ਪਾਰਟੀ 13 ਸੰਸਦੀ ਸੀਟਾਂ ਵਿੱਚੋਂ ਸਿਰਫ਼ ਤਿੰਨ ਹੀ ਜਿੱਤ ਸਕੀ ਸੀ।
Chandigarh
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ 50 ਫੀਸਦੀ ਮਹਿੰਗਾਈ ਭੱਤਾ
ਮੁੱਖ ਮੰਤਰੀ ਅਤੇ ਮੁਲਾਜ਼ਮ ਧਿਰਾਂ ਵਿੱਚ ਬਣੀ ਸਹਿਮਤੀ
ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਸਰਕਾਰ ਨੇ ਪਹਿਲੀ ਅਕਤੂਬਰ ਤੋਂ ਸਰਕਾਰੀ ਮੁਲਾਜ਼ਮਾਂ ਨੂੰ ਪੰਜਾਹ ਫ਼ੀਸਦੀ ਡੀ ਏ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਸਤੰਬਰ ਦੀ ਤਨਖ਼ਾਹ ਦਾ ਡੀਏ ਅਕਤੂਬਰ ਦੀ ਤਨਖਾਹ ਨਾਲ ਦੋ ਕਿਸ਼ਤਾਂ ਵਿੱਚ ਦੇਣ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਅੱਜ ਮੁੱਖ ਮੰਤਰੀ ਨਿਵਾਸ ਤੇ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਅਤੇ ਸਾਂਝੀ ਤਾਲਮੇਲ ਕਮੇਟੀ ਵਿਚਾਲੇ ਮਹਿੰਗਾਈ ਭੱਤੇ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਮੀਟਿੰਗ ਵਿੱਚ ਹੋਏ ਫ਼ੈਸਲਿਆਂ ਬਾਰੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਾਂਝੀ ਤਾਲਮੇਲ ਕਮੇਟੀ ਨੇ ਸਾਂਝੀ ਪ੍ਰੈਸ ਕਾਨਫ਼ਰੰਸ ਕਰਕੇ ਜਾਣੂ ਕਰਾਇਆ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਪਹਿਲੀ ਅਕਤੂਬਰ ਤੋਂ 50 ਫ਼ੀਸਦੀ ਮਹਿੰਗਾਈ ਭੱਤਾ ਦੇਵੇਗੀ। ਨਵੇਂ ਫ਼ੈਸਲੇ ਨਾਲ ਹੁਣ ਡੀ ਏ 42 ਫ਼ੀਸਦੀ ਤੋਂ ਵੱਧ ਕੇ 50 ਫ਼ੀਸਦੀ ਹੋ ਗਿਆ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ 60 ਫ਼ੀਸਦੀ ਡੀ ਏ ਦੀ ਮੰਗ ਕੀਤੀ ਜਾ ਰਹੀ ਸੀ ਪ੍ਰੰਤੂ ਮੀਟਿੰਗ ਵਿੱਚ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ। ਸਾਂਝੀ ਮੀਟਿੰਗ ਵਿੱਚ ਮੁਲਾਜ਼ਮਾਂ ਆਗੂਆਂ ਨੇ ਬਾਕੀ ਮੰਗਾਂ ਬਾਰੇ ਵੀ ਆਪਣਾ ਪੱਖ ਰੱਖਿਆ ਜਿਨ੍ਹਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਚਾਰ ਕਰਨ ਦਾ ਭਰੋਸਾ ਦਿੱਤਾ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਡੀ ਏ ਵਿੱਚ ਅੱਠ ਫ਼ੀਸਦੀ ਵਾਧੇ ਨਾਲ ਪੰਜਾਬ ਸਰਕਾਰ ਤੇ ਕਰੀਬ 250 ਕਰੋੜ ਦਾ ਵਿੱਤੀ ਬੋਝ ਪਵੇਗਾ। ਮੁੱਖ ਮੰਤਰੀ ਵੱਲੋਂ ਬਾਕੀ ਮੁਲਾਜ਼ਮਾਂ ਮੰਗਾਂ ਬਾਰੇ ਮੀਟਿੰਗ ਦੋ ਹਫ਼ਤੇ ਬਾਅਦ ਕੀਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਵਿੱਚ ਸਹਿਮਤੀ ਬਣਨ ਮਗਰੋਂ ਪੰਜਾਬ ਵਿੱਚ ਕਰੀਬ ਤਿੰਨ ਹਫ਼ਤੇ ਤੋਂ ਚੱਲ ਰਹੇ ਮੁਲਾਜ਼ਮ ਸੰਘਰਸ਼ ਦਾ ਅੰਤ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਵਿੱਚ ਆਪਣੀ ਵਿੱਤੀ ਮਜਬੂਰੀ ਦਾ ਹਵਾਲਾ ਦੇ ਕੇ ਮੁਲਾਜ਼ਮਾਂ ਨੂੰ ਅੱਠ ਫ਼ੀਸਦੀ ਡੀ ਏ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਦੇਣ ਦਾ ਐਲਾਨ ਕੀਤਾ। ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨੇ ਮੁਲਾਜ਼ਮਾਂ ਦੀਆਂ ਮੁਕੰਮਲ ਹੱਕਾਂ ਮੰਗਾਂ ਮੰਨਣ ਤੇ ਜ਼ੋਰ ਪਾਇਆ। ਸਾਂਝੀ ਤਾਲਮੇਲ ਕਮੇਟੀ ਦੇ ਮੁੱਖ ਕਨਵੀਨਰ ਗੁਰਨਾਮ ਸਿੰਘ ਵਿਰਕ ਅਤੇ ਮੈਂਬਰ ਸਤੀਸ਼ ਰਾਣਾ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਕਿਹਾ ਕਿ ਅੱਜ ਮੀਟਿੰਗ ਸੁਖਾਵੇਂ ਮਾਹੌਲ ਵਿੱਚ ਹੋਈ ਜਿਸ ਵਿੱਚ ਮੁੱਖ ਮੰਤਰੀ ਨੇ ਚਾਰ ਚਾਰ ਫ਼ੀਸਦੀ ਦੋ ਕਿਸ਼ਤਾਂ ਵਿੱਚ ਡੀ ਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਡੀ ਏ ਦਾ ਮਾਮਲਾ ਹਾਈ ਕੋਰਟ ਵਿੱਚ 21 ਅਗਸਤ ਨੂੰ ਸੁਣਵਾਈ ਅਧੀਨ ਹੈ ਅਤੇ ਉਨ੍ਹਾਂ ਨੂੰ ਅਦਾਲਤ ਤੇ ਪੂਰਨ ਭਰੋਸਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਦੂਜੇ ਗੇੜ ਦੀ ਮੀਟਿੰਗ ਅਕਤੂਬਰ ਦੇ ਪਹਿਲੇ ਹਫ਼ਤੇ ਕੀਤੀ ਜਾਵੇਗੀ ਜਿਸ ਵਿੱਚ ਬਾਕੀ ਮੰਗਾਂ ਬਾਰੇ ਫ਼ੈਸਲਾ ਲਿਆ ਜਾਵੇਗਾ। ਜੋ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ਹਨ, ਉਹ ਅਗਲੀ ਮੀਟਿੰਗ ਵਿੱਚ ਵਿਚਾਰੀਆਂ ਜਾਣਗੀਆਂ।
ਆਗੂਆਂ ਨੇ ਦੱਸਿਆ ਕਿ ਅੱਜ ਮੀਟਿੰਗ ਵਿੱਚ ਤਿੰਨ ਸਾਲ ਦੇ ਪਰਖ ਕਾਲ ਦੌਰਾਨ ਪੂਰੀ ਤਨਖ਼ਾਹ ਤੇ ਭੱਤੇ ਦੇਣ ਦੀ ਮੰਗ ਰੱਖੀ ਗਈ। ਮਾਣ ਭੱਤਾ ਲੈਣ ਵਾਲੇ ਮੁਲਾਜ਼ਮਾਂ ਦੀ ਮੰਗ ਉਠਾਈ ਗਈ ਅਤੇ ਪੰਜਾਬ ਸਰਕਾਰ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਖ਼ੁਦ ਸਰਕਾਰ ਵੱਲੋਂ 2022 ਵਿੱਚ ਜਾਰੀ ਕੀਤੇ ਪੱਤਰ ਦਾ ਚੇਤਾ ਕਰਾਇਆ ਗਿਆ। ਆਮਦਨ ਕਰ ਤੇ ਪੰਜਾਬ ਸਰਕਾਰ ਵੱਲੋਂ 200 ਰੁਪਏ ਦੇ ਲਗਾਏ ਟੈਕਸ ਦੀ ਵਾਪਸੀ ਦੀ ਮੰਗ ਕੀਤੀ ਗਈ। ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਲੈਣ ਦਾ ਮੁੱਦਾ ਵੀ ਚੁੱਕਿਆ ਗਿਆ।
Chandigarh
ਦੁਖ ਦਾ ਪ੍ਰਗਟਾਵਾ
ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਸz. ਗੁਰਦੇਵ ਸਿੰਘ ਬਰਾੜ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਸz. ਬਰਾੜ ਸਿੱਖ ਐਜੁਕੇਸਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਧਾਨ ਸਰਦਾਰ ਗੁਰਦੇਵ ਸਿੰਘ ਬਰਾੜ ਪੰਥ ਦਰਦੀ ਅਤੇ ਪੰਥ ਪ੍ਰਸਤ ਆਗੂ ਸਨ ਜਿਹਨਾਂ ਦੇ ਅਕਾਲ ਚਲਾਣੇ ਨਾਲ ਪੰਥ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਉਹਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਹਮਲਾ ਕਰਨ ਤੋਂ ਪਹਿਲਾਂ ਸਰਦਾਰ ਗੁਰਦੇਵ ਸਿੰਘ ਬਰਾੜ ਅੰਮ੍ਰਿਤਸਰ ਸਾਹਿਬ ਜ਼ਿਲੇ ਦੇ ਡੀ ਸੀ ਸਨ ਅਤੇ ਜਦੋਂ ਉਹਨਾਂ ਤੋਂ ਮਨਜ਼ੂਰੀ ਮੰਗੀ ਤਾਂ ਸz. ਬਰਾੜ ਨੇ ਸਪੱਸ਼ਟ ਕਿਹਾ ਸੀ ਕਿ ਉਹ ਆਪਣੇ ਗੁਰੂ ਦੇ ਘਰ ਉੱਤੇ ਹਮਲੇ ਦੀ ਲਈ ਸਹਿਮਤੀ ਨਹੀਂ ਦੇਣਗੇ ਅਤੇ ਇਸ ਦਲੇਰੀ ਕਾਰਨ ਉਹਨਾਂ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ।
Chandigarh
ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ, 17 ਸਤੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਉਹਨਾਂ ਨੂੰ ਹੁਣ ਵਧੀਕ ਮੁੱਖ ਸਕੱਤਰ ਵਜੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਟਰਾਂਸਪੋਰਟ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।
ਅਨੁਰਾਗ ਵਰਮਾ ਦੀ ਥਾਂ ਤੇ ਹੁਣ ਜਸਪ੍ਰੀਤ ਤਲਵਾੜ ਨੂੰ ਵਿੱਤ ਕਮਿਸ਼ਨਰ (ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ) ਲਾਇਆ ਗਿਆ ਹੈ। ਉਨ੍ਹਾਂ ਨੂੰ ਖਣਨ ਤੇ ਭੂ ਵਿਗਿਆਨ ਵਿਭਾਗ ਅਤੇ ਨਿਆਂ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਅਰਸ਼ਦੀਪ ਸਿੰਘ ਥਿੰਦ ਨੂੰ ਹੁਣ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਹੋਣਗੇ ਅਤੇ ਉਨ੍ਹਾਂ ਨੂੰ ਯੋਜਨਾ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਟਰਾਂਸਪੋਰਟ ਵਿਭਾਗ ਵਿੱਚੋਂ ਬਦਲੇ ਵਰੁਣ ਰੂਜ਼ਮ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਵਜੋਂ ਕੰਮ ਕਰਦੇ ਰਹਿਣਗੇ। ਇਹ ਤਬਾਦੇਲ ਤੁੰਰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।
-
International1 month agoਸ਼੍ਰੀਲੰਕਾ ਵਿੱਚ ਭਾਰੀ ਮੀਂਹ ਅਤੇ ਹੜ੍ਹ ਕਾਰਨ ਜ਼ਮੀਨ ਖਿਸਕੀ, 7 ਵਿਅਕਤੀਆਂ ਦੀ ਮੌਤ
-
Editorial2 months agoਪੰਥਕ ਜਥੇਬੰਦੀਆਂ ਵਿੱਚ ਏਕਤਾ ਅਜੇ ਦੁੂਰ ਦੀ ਗੱਲ
-
International1 month agoਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਸ਼ਾਕਿਬ ਅਲ ਹਸਨ ਦੇ ਘਰ ਤੇ ਪੈਟਰੋਲ ਬੰਬ ਨਾਲ ਹਮਲਾ
-
International1 month agoਸਾਊਦੀ ਅਰਬ ਵਿੱਚ ਸੋਫਾ ਫੈਕਟਰੀ ਨੂੰ ਅੱਗ ਲੱਗਣ ਕਾਰਨ 16 ਬੰਗਲਾਦੇਸ਼ੀ ਮਜ਼ਦੂਰਾਂ ਦੀ ਮੌਤ
-
International2 months agoਸਪੇਨ ਵਿੱਚ ਜਬਰਦਸਤੀ ਦਾਖਿਲ ਹੋਏ ਹਜ਼ਾਰਾਂ ਪ੍ਰਵਾਸੀ, ਕਈ ਵਿਅਕਤੀਆਂ ਦੀ ਮੌਤ
-
International2 months agoਇਥੋਪੀਆ ਵਿੱਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ, 14 ਵਿਅਕਤੀਆਂ ਦੀ ਮੌਤ
-
National1 month agoਬੱਸ ਬੇਕਾਬੂ ਹੋ ਕੇ ਸੜਕ ਤੋਂ 100 ਫੁੱਟ ਹੇਠਾਂ ਡਿੱਗੀ, 7 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
Chandigarh1 month agoਸੁਖਬੀਰ ਸਿੰਘ ਬਾਦਲ ਵਲੋਂ ਚੰਡੀਗੜ੍ਹ ਵਿੱਚ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਮੁਲਾਕਾਤ
