Connect with us

Chandigarh

ਚੰਡੀਗੜ੍ਹ ਕਾਂਗਰਸ ਵਲੋਂ ਰਾਹੁਲ ਗਾਂਧੀ ਖ਼ਿਲਾਫ਼ ਐਫ ਆਈ ਆਰ ਦੇ ਵਿਰੋਧ ਵਿੱਚ ਪ੍ਰਦਰਸ਼ਨ, ਸੈਕਟਰ-35 ਵਿੱਚ ਪੁਲੀਸ ਨਾਲ ਹੋਈ ਧੱਕਾ-ਮੁੱਕੀ

Published

on

ਚੰਡੀਗੜ੍ਹ, 1 ਸਤੰਬਰ (ਸ.ਬ.) ਉੱਤਰਾਖੰਡ ਦੇ ਹਲਦਵਾਨੀ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਖ਼ਿਲਾਫ਼ ਦਰਜ ਐਫ ਆਈ ਆਰ ਦੇ ਵਿਰੋਧ ਵਿੱਚ ਅੱਜ ਚੰਡੀਗੜ੍ਹ ਕਾਂਗਰਸ ਵੱਲੋਂ ਸੈਕਟਰ-35 ਸਥਿਤ ਕਾਂਗਰਸ ਭਵਨ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਅਤੇ ਉੱਤਰਾਖੰਡ ਸਰਕਾਰ ਖ਼ਿਲਾਫ਼ ਜਬਰਦਸਤ ਨਾਅਰੇਬਾਜ਼ੀ ਕੀਤੀ ਅਤੇ ਰਾਹੁਲ ਗਾਂਧੀ ਖ਼ਿਲਾਫ਼ ਦਰਜ ਐਫ ਆਈ ਆਰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।

ਪ੍ਰਦਰਸ਼ਨ ਦੌਰਾਨ ਕਾਂਗਰਸੀ ਵਰਕਰਾਂ ਅਤੇ ਪੁਲੀਸ ਵਿਚਾਲੇ ਧੱਕਾ-ਮੁੱਕੀ ਵੀ ਹੋਈ। ਚੰਡੀਗੜ੍ਹ ਦੇ ਸੈਕਟਰ-35 ਵਿੱਚ ਹੋਏ ਇਸ ਪ੍ਰਦਰਸ਼ਨ ਦੌਰਾਨ ਪੁਲੀਸ ਨਾਲ ਹੋਈ ਧੱਕਾ-ਮੁੱਕੀ ਅਤੇ ਕਾਂਗਰਸੀ ਵਰਕਰਾਂ ਦੀ ਜ਼ੋਰਦਾਰ ਨਾਅਰੇਬਾਜ਼ੀ ਕਾਰਨ ਮਾਹੌਲ ਗਰਮਾ ਗਿਆ। ਪੁਲੀਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਕਾਰਨ ਕੁਝ ਸਮੇਂ ਲਈ ਮੌਕੇ ਤੇ ਤਣਾਅ ਦੀ ਸਥਿਤੀ ਬਣ ਗਈ। ਕਾਂਗਰਸੀ ਵਰਕਰ ਨਾਅਰੇਬਾਜ਼ੀ ਕਰਦੇ ਰਹੇ ਅਤੇ ਐਫ ਆਈ ਆਰ ਵਾਪਸ ਲੈਣ ਦੀ ਮੰਗ ਤੇ ਡਟੇ ਰਹੇ।

ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਸ ਐਸ ਲੱਕੀ ਦੀ ਅਗਵਾਈ ਵਿੱਚ ਹੋਏ ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਨੇ ਕਿਹਾ ਕਿ ਵਿਰੋਧੀ ਧਿਰ ਦੀ ਅਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਰਾਹੁਲ ਗਾਂਧੀ ਖ਼ਿਲਾਫ਼ ਦਰਜ ਐਫ ਆਈ ਆਰ ਵੀ ਇਸੇ ਸਿਆਸੀ ਰਵੱਈਏ ਦਾ ਹਿੱਸਾ ਹੈ।

ਇਸ ਮੌਕੇ ਐਚ. ਐਸ. ਲੱਕੀ ਨੇ ਕਿਹਾ ਕਿ ਕਾਂਗਰਸ ਰਾਹੁਲ ਗਾਂਧੀ ਖ਼ਿਲਾਫ਼ ਦਰਜ ਇਸ ਐਫ ਆਈ ਆਰ ਨੂੰ ਸਵੀਕਾਰ ਨਹੀਂ ਕਰੇਗੀ ਅਤੇ ਪਾਰਟੀ ਵੱਲੋਂ ਇਸ ਦੇ ਵਿਰੋਧ ਵਿੱਚ ਆਪਣੀ ਅਵਾਜ਼ ਬੁਲੰਦ ਕੀਤੀ ਜਾਂਦੀ ਰਹੇਗੀ। ਉਹਨਾਂ ਕਿਹਾ ਕਿ ਭਾਜਪਾ ਸਰਕਾਰਾਂ ਵੱਲੋਂ ਵਿਰੋਧੀ ਧਿਰ ਦੇ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਜੇਕਰ ਸਰਕਾਰ ਜਾਂ ਭਾਜਪਾ ਨੂੰ ਕਾਂਗਰਸ ਦੀਆਂ ਗੱਲਾਂ ਨਾਲ ਇਤਰਾਜ਼ ਹੈ ਤਾਂ ਸਿਆਸੀ ਤੌਰ ਤੇ ਜਵਾਬ ਦਿੱਤਾ ਜਾਣਾ ਚਾਹੀਦਾ ਹੈ, ਨਾ ਕਿ ਐਫ ਆਈ ਆਰ ਦਰਜ ਕਰਕੇ ਵਿਰੋਧੀ ਆਗੂਆਂ ਦੀ ਅਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾਵੇ।

ਇੱਥੇ ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਨੇ ਬੀਤੀ 8 ਅਗਸਤ ਨੂੰ ਹਲਦਵਾਨੀ ਵਿੱਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੀ ਰੈਲੀ ਤੋਂ ਉੱਥੇ ਕਥਿਤ ਤੌਰ ਤੇ ‘ਸ਼ੁੱਧੀਕਰਨ’ ਕਰਵਾਏ ਜਾਣ ਦੀ ਘਟਨਾ ਤੇ ਸਵਾਲ ਚੁੱਕਦਿਆਂ ਕਾਰਵਾਈ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਵਾਲਮੀਕੀ ਭਾਈਚਾਰੇ ਨਾਲ ਸਬੰਧਤ ਇੱਕ ਵਿਅਕਤੀ ਦੀ ਸ਼ਿਕਾਇਤ ਤੇ ਉਨ੍ਹਾਂ ਖ਼ਿਲਾਫ਼ ਐਫ ਆਈ ਆਰ ਦਰਜ ਕੀਤੀ ਗਈ ਹੈ। ਪੁਲੀਸ ਮੁਤਾਬਕ ਮਾਮਲੇ ਵਿੱਚ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ ਦੇ ਨਾਲ ਐਸ ਸੀ/ਐਸ ਟੀ ਐਕਟ ਦੀਆਂ ਧਾਰਾਵਾਂ ਵੀ ਲਗਾਈਆਂ ਗਈਆਂ ਹਨ। ਇਸ ਮਾਮਲੇ ਨੂੰ ਲੈ ਕੇ ਕਾਂਗਰਸ ਵੱਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੀ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪਾਰਟੀ ਨੇ ਰਾਹੁਲ ਗਾਂਧੀ ਖ਼ਿਲਾਫ਼ ਦਰਜ ਐਫ ਆਈ ਆਰ ਵਾਪਸ ਲੈਣ ਦੀ ਮੰਗ ਕਰਦਿਆਂ ਕਿਹਾ ਹੈ ਕਿ ਸਮਾਜਿਕ ਨਿਆਂ ਅਤੇ ਦਲਿਤਾਂ ਨਾਲ ਹੋ ਰਹੇ ਕਥਿਤ ਭੇਦਭਾਵ ਦੇ ਮੁੱਦੇ ਉਠਾਉਣ ਵਾਲਿਆਂ ਨੂੰ ਹੀ ਨਿਸ਼ਾਨਾ ਬਣਾਉਣਾ ਲੋਕਤੰਤਰ ਲਈ ਠੀਕ ਨਹੀਂ ਹੈ।

Continue Reading

Chandigarh

ਪੰਜਾਬ ਵਿੱਚ ਚੋਣ ਜਾਬਤਾ ਲਾਗੂ ਕੀਤਾ ਜਾਵੇ : ਸੁਨੀਲ ਜਾਖੜ

Published

on

By

ਰਾਜਪਾਲ ਨੂੰ ਲਿਖਿਆ ਪੱਤਰ, ਸਰਕਾਰ ਨੇ ਮੰਨਿਆ ਪੰਜਾਬ ਵਿੱਚ ਵਿਗੜ ਚੁੱਕੀ ਹੈ ਕਾਨੂੰਨ ਵਿਵਸਥਾ

ਚੰਡੀਗੜ੍ਹ, 29 ਅਕਤੂਬਰ (ਸ.ਬ.) ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਚੋਣ ਕਮਿਸ਼ਨ ਕੋਲ ਸਿਫ਼ਾਰਸ਼ ਕਰਕੇ ਪੰਜਾਬ ਵਿੱਚ ਚੋਣ ਜਾਬਤਾ ਲਾਗੂ ਕੀਤਾ ਜਾਵੇ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਖ਼ੁਦ ਮੰਨਿਆ ਹੈ ਕਿ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਵਿਗੜ ਚੁੱਕੀ ਹੈ ਇਸ ਲਈ ਸੂਬੇ ਵਿੱਚ ਜਲਦ ਤੋਂ ਜਲਦ ਮਾਡਲ ਚੋਣ ਜ਼ਾਬਤਾ ਲਾਗੂ ਕੀਤਾ ਜਾਵੇ।

ਉਨ੍ਹਾਂ ਦੋਸ਼ ਲਾਇਆ ਕਿ ਜੇਲ੍ਹਾਂ ਤੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਚਲਾਈ ਜਾ ਰਹੀ ਹੈ ਅਤੇ ਤਸਕਰਾਂ ਤੇ ਕਾਤਲਾਂ ਨੂੰ ਪੈਰੋਲ ਤੇ ਰਿਹਾਅ ਕਰਕੇ ਵਿਦੇਸ਼ ਭੱਜਣ ਵਿੱਚ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦਾਅਵਾ ਕੀਤਾ ਕਿ ਔਰਤਾਂ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਨੂੰ ਦਬਾਉਣ ਲਈ ਕਰੋੜਾਂ ਰੁਪਏ ਦੇ ਲੈਣ-ਦੇਣ ਕੀਤੇ ਜਾ ਰਹੇ ਹਨ, ਅਤੇ ਦੋਸ਼ੀਆਂ ਨੂੰ ਦੇਸ਼ ਛੱਡਣ ਵਿੱਚ ਮਦਦ ਕੀਤੀ ਜਾ ਰਹੀ ਹੈ।

ਉਹਨਾਂ ਲਿਖਿਆ ਹੈ ਕਿ ਸੂਬੇ ਵਿੱਚ ਕੋਈ ਵੀ ਸੁਰੱਖਿਅਤ ਨਹੀਂ ਹੈ ਅਤੇ ਨਸ਼ਿਆਂ ਖ਼ਿਲਾਫ਼ ਉੱਠਣ ਵਾਲੀਆਂ ਆਵਾਜ਼ਾਂ ਨੂੰ ਗੋਲੀਆਂ ਨਾਲ ਦਬਾਇਆ ਜਾ ਰਹਾ ਹੈ।

ਰਾਜਪਾਲ ਨੂੰ ਲਿਖੇ ਪੱਤਰ ਵਿੱਚ ਜਾਖੜ ਨੇ ਪ੍ਰਸ਼ਾਸਨ ਵੱਲੋਂ ਅਬੋਹਰ ਵਿੱਚ ਸਾਲਾਨਾ ਐਂਟੀ-ਡਰੱਗ (ਨਸ਼ਾ ਵਿਰੋਧੀ) ਮੈਰਾਥਨ ਦੀ ਇਜਾਜ਼ਤ ਦੇਣ ਤੋਂ ਕੀਤੇ ਇਨਕਾਰ ਦਾ ਜ਼ਿਕਰ ਕਰਦਿਆਂ ਕਿਹਾ ਹੈ ਕਿ ਲਿਖਤੀ ਇਨਕਾਰ ਵਿੱਚ ਅਨੁਕੂਲ ਮਾਹੌਲ ਨਾ ਹੋਣ ਅਤੇ ਕਾਨੂੰਨ ਤੇ ਵਿਵਸਥਾ ਦੀ ਮਾੜੀ ਸਥਿਤੀ ਦਾ ਹਵਾਲਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਇਹ ਮੈਰਾਥਨ ਅਬੋਹਰ ਵਿੱਚ ਕਈ ਸਾਲਾਂ ਤੋਂ ਜਾਰੀ ਹੈ ਅਤੇ ਇਸ ਵਿੱਚ ਹਜ਼ਾਰਾਂ ਨੌਜਵਾਨ ਹਿੱਸਾ ਲੈਂਦੇ ਹਨ। ਜਾਖੜ ਨੇ ਆਪਣੀ ਬੇਨਤੀ ਨਾਲ ਪ੍ਰਸ਼ਾਸਨ ਦੇ ਪੱਤਰ ਦੀ ਕਾਪੀ ਵੀ ਨੱਥੀ ਕੀਤੀ ਹੈ। ਉਹਨਾਂ ਕਿਹਾ ਕਿ ਹਾਲਾਂਕਿ ਉਹ ਇਸ ਸਰਕਾਰ ਅਤੇ ਇਸ ਦੀਆਂ ਨੀਤੀਆਂ ਦਾ ਵਿਰੋਧ ਕਰਦੇ ਹਨ, ਪਰ ਮੈਂ ਪਹਿਲੀ ਵਾਰ ਸਰਕਾਰ ਵੱਲੋਂ ਕਬੂਲ ਕੀਤੀ ਗਈ ਇਸ ਕੋੜੀ ਸੱਚਾਈ ਨਾਲ ਸਹਿਮਤ ਹਾਂ।

ਉਨ੍ਹਾਂ ਅੰਮ੍ਰਿਤਸਰ, ਤਰਨ ਤਾਰਨ, ਖੇਮਕਰਨ, ਗੁਰਦਾਸਪੁਰ, ਹਰਗੋਬਿੰਦਪੁਰ, ਮਾਨਸਾ, ਅਬੋਹਰ, ਸੰਗਰੂਰ ਅਤੇ ਲੁਧਿਆਣਾ ਵਰਗੀਆਂ ਥਾਵਾਂ ਦੀ ਸੂਚੀ ਦਿੱਤੀ, ਜਿੱਥੇ ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਨੂੰ ਸ਼ਰੇਆਮ ਮਾਰਿਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਪੁਲੀਸ ਨਸ਼ਿਆਂ ਕਾਰਨ ਮਰੇ ਬੱਚਿਆਂ ਦੀਆਂ ਦੇਹਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਤੋਂ ਜ਼ਬਰਦਸਤੀ ਛੁਡਵਾ ਕੇ ਲੈ ਜਾ ਰਹੀ ਹੈ ਅਤੇ ਨਸ਼ਿਆਂ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਪੁਲੀਸ ਜਬਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਾਂ ਉਨ੍ਹਾਂ ਨੂੰ ਖ਼ੁਦਕੁਸ਼ੀ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਅਜਿਹੇ ਮਾਹੌਲ ਵਿੱਚ ਸਰਹੱਦੀ ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਅਮਨ-ਅਮਾਨ ਨਾਲ ਚੋਣਾਂ ਕਰਵਾਉਣਾ ਅਸੰਭਵ ਹੋ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਵਿਧਾਨ ਸਭਾ ਚੋਣਾਂ ਆਉਣ ਤੱਕ ਸਰਕਾਰ ਅਜਿਹਾ ਖੌਫ਼ ਪੈਦਾ ਕਰ ਦੇਵੇਗੀ ਕਿ ਨਾਗਰਿਕ ਬਿਨਾਂ ਡਰ ਤੋਂ ਵੋਟ ਨਹੀਂ ਪਾ ਸਕਣਗੇ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੂੰ ਹੋਰ ਸਮਾਂ ਦੇਣਾ ਲੋਕਾਂ ਦੇ ਮੌਲਿਕ ਅਤੇ ਮਾਨਵ ਅਧਿਕਾਰਾਂ ਦੀ ਹੋਰ ਉਲੰਘਣਾ ਕਰਨ ਦੀ ਇਜਾਜ਼ਤ ਦੇਣ ਦੇ ਬਰਾਬਰ ਹੋਵੇਗਾ।

Continue Reading

Chandigarh

ਪੰਜਾਬ ਵਿੱਚ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਸ਼ੁਰੂ ਹੋਇਆ ਸੀ ਨਸ਼ੇ ਦਾ ਕਾਰੋਬਾਰ : ਹਰਪਾਲ ਚੀਮਾ

Published

on

By

ਚੰਡੀਗੜ੍ਹ, 29 ਅਕਤੂਬਰ (ਸ.ਬ.) ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਪ੍ਰਦੇਸ਼ ਵਿੱਚ ਨਸ਼ੇ ਦਾ ਕਾਰੋਬਾਰ ਸ਼ੁਰੂ ਹੋਇਆ ਅਤੇ ਕਾਂਗਰਸ ਸਰਕਾਰ ਦੇ ਸਮੇਂ ਵੀ ਇਹ ਜਾਰੀ ਰਿਹਾ।

ਉਨ੍ਹਾਂ ਕਿਹਾ ਕਿ ਮਾਰਚ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪ੍ਰਦੇਸ਼ ਵਿੱਚ ਨਸ਼ੇ ਅਤੇ ਗੈਂਗਸਟਰਵਾਦ ਖ਼ਿਲਾਫ਼ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਸਰਕਾਰ ਬਣਦਿਆਂ ਹੀ ਐਂਟੀ ਗੈਂਗਸਟਰ ਟਾਸਕ ਫ਼ੋਰਸ ਦਾ ਗਠਨ ਕੀਤਾ ਗਿਆ, ਜਿਸ ਨੇ ਅਪਰਾਧੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਏਜੀਟੀਐਫ ਨੇ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਵੱਡੀ ਗਿਣਤੀ ਵਿੱਚ ਦੋਸ਼ੀਆਂ ਨੂੰ ਫੜਿਆ ਅਤੇ ਨਾਜਾਇਜ਼ ਹਥਿਆਰ ਵੀ ਬਰਾਮਦ ਕੀਤੇ। ਉਨ੍ਹਾਂ ਮੁਤਾਬਕ, 188 ਅਜਿਹੇ ਲੋਕਾਂ ਨੂੰ ਵੀ ਫੜਿਆ ਗਿਆ, ਜੋ ਅਪਰਾਧ ਵਿੱਚ ਸ਼ਾਮਲ ਸਨ।

ਨਸ਼ੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦਾ ਬਿਓਰਾ ਦਿੰਦਿਆਂ ਉਹਨਾਂ ਕਿਹਾ ਕਿ ਪ੍ਰਦੇਸ਼ ਵਿੱਚ ਹੁਣ ਤੱਕ 68,545 ਮਾਮਲੇ ਦਰਜ ਕੀਤੇ ਗਏ ਹਨ ਅਤੇ ਕਰੀਬ 89 ਹਜ਼ਾਰ ਦੋਸ਼ੀਆਂ ਨੂੰ ਫੜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਾਰਵਾਈ ਦੌਰਾਨ ਚਾਰ ਕੁਇੰਟਲ ਹੈਰੋਇਨ ਅਤੇ 23 ਕਰੋੜ ਰੁਪਏ ਤੋਂ ਵੱਧ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਉਹਨਾਂ ਕਿਹਾ ਕਿ ਨਸ਼ਾ ਤਸਕਰੀ ਖ਼ਿਲਾਫ਼ ਮੁਹਿੰਮ ਵਿੱਚ ਮੈਡੀਕਲ ਨਸ਼ੇ ਤੇ ਵੀ ਕਾਰਵਾਈ ਕੀਤੀ ਗਈ ਹੈ। ਇਸ ਦੌਰਾਨ 67 ਲੱਖ ਤੋਂ ਵੱਧ ਮੈਡੀਕਲ ਨਸ਼ੇ ਦੀਆਂ ਗੋਲੀਆਂ ਜਾਂ ਹੋਰ ਸੰਬੰਧਿਤ ਸਮੱਗਰੀ ਅਤੇ 4,200 ਟੀਕੇ ਫੜੇ ਗਏ ਹਨ। ਇਸ ਤੋਂ ਇਲਾਵਾ 84 ਕਿਲੋਗ੍ਰਾਮ ਨਸ਼ੀਲਾ ਪਾਊਡਰ ਵੀ ਬਰਾਮਦ ਕੀਤਾ ਗਿਆ ਹੈ।

ਉਹਨਾਂ ਦਾਅਵਾ ਕੀਤਾ ਕਿ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਦੇ ਤਹਿਤ ਨਸ਼ਾ ਤਸਕਰੀ ਤੇ ਰੋਕ ਲਗਾਉਣ ਲਈ ਡਰੋਨ ਰਾਹੀਂ ਹੋਣ ਵਾਲੀਆਂ ਗਤੀਵਿਧੀਆਂ ਤੇ ਵੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਨਸ਼ੇ ਦੀ ਸਪਲਾਈ ਚੇਨ ਤੋੜਨ ਲਈ ਪੁਲੀਸ ਲਗਾਤਾਰ ਕਾਰਵਾਈ ਕਰ ਰਹੀ ਹੈ।

Continue Reading

Chandigarh

ਸਰਕਾਰ ਨੇ ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ 21-22 ਫੀਸਦੀ ਤੋਂ ਵਧਾ ਕੇ ਲਗਭਗ 88 ਫੀਸਦੀ ਕੀਤੀ : ਬਲਤੇਜ ਪੰਨੂ

Published

on

By

ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦਾ ਨਹਿਰੀ ਨੈਟਵਰਕ ਤਬਾਹ ਕੀਤਾ

ਚੰਡੀਗੜ੍ਹ, 29 ਅਕਤੂਬਰ (ਸ.ਬ.) ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਾਂਗਰਸ ਅਤੇ ਅਕਾਲੀ-ਭਾਜਪਾ ਦੀਆਂ ਪਿਛਲੀਆਂ ਸਰਕਾਰਾਂ ਤੇ ਧਰਤੀ ਹੇਠਲੇ ਪਾਣੀ ਦੇ ਗੰਭੀਰ ਮੁੱਦੇ ਨੂੰ ਅਣਗੋਲਿਆ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਹੈ ਕਿ ਪੰਜਾਬ ਦੀ ਸੱਤਾ ਤੇ ਕਾਬਜ ਰਹੀਆਂ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦਾ ਨਹਿਰੀ ਨੈਟਵਰਕ ਪੂਰੀ ਤਰ੍ਹਾਂ ਤਬਾਹ ਕਰਨ ਦਾ ਕੰਮ ਕੀਤਾ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਾਡੀਆਂ ਨਹਿਰਾਂ, ਸੂਇਆਂ ਤੇ ਕੱਸੀਆਂ ਨੂੰ ਸਾਜ਼ਿਸ਼ ਤਹਿਤ ਗਾਇਬ ਹੋਣ ਦਿੱਤਾ ਜਦੋਂਕਿ ਮਾਹਰ ਚੇਤਾਵਨੀ ਦਿੰਦੇ ਆ ਰਹੇ ਸਨ ਕਿ ਪੰਜਾਬ ਦਾ ਧਰਤੀ ਹੇਠਲਾ ਪਾਣੀ ਬਹੁਤ ਤੇਜ਼ੀ ਨਾਲ ਖ਼ਤਮ ਹੋ ਰਿਹਾ ਹੈ, ਪਰ ਇਨ੍ਹਾਂ ਸਰਕਾਰਾਂ ਨੇ ਇਸ ਸਮੱਸਿਆ ਵੱਲ ਕਦੇ ਵੀ ਕੋਈ ਧਿਆਨ ਨਹੀਂ ਦਿੱਤਾ।

ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਜਦੋਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਐਸਵਾਈਐਲ ਦਾ ਟੱਕ ਲਾਇਆ ਸੀ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਸੋਨੇ ਦੀ ਕਹੀ ਤੇ ਚਾਂਦੀ ਦਾ ਬੱਠਲ ਪੇਸ਼ ਕੀਤਾ ਸੀ। ਇਸ ਤੋਂ ਵੀ ਪਹਿਲਾਂ ਬਾਦਲ ਸਰਕਾਰ ਵੇਲੇ ਐਸ ਵਾਈ ਐਲ ਦੀ ਮਨਜ਼ੂਰੀ ਦਵਾਈ ਗਈ, ਜਿਸ ਲਈ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਦੇਵੀ ਲਾਲ ਨੇ ਹਰਿਆਣਾ ਵਿਧਾਨ ਸਭਾ ਵਿੱਚ ਉਚੇਚੇ ਤੌਰ ਤੇ ਬਾਦਲ ਸਾਹਿਬ ਦਾ ਧੰਨਵਾਦ ਕੀਤਾ ਸੀ। ਇੰਨਾ ਹੀ ਨਹੀਂ, ਨਹਿਰਾਂ ਦੀ ਉੱਚਾਈ ਵੀ ਇਸ ਲਈ ਵਧਾਈ ਗਈ ਸੀ ਤਾਂ ਜੋ ਬਾਦਲਾਂ ਦੇ ਨਿੱਜੀ ਫਾਰਮ ਹਾਊਸ ਤੱਕ ਪਾਣੀ ਪਹੁੰਚ ਸਕੇ।

ਉਨ੍ਹਾਂ ਕਿਹਾ ਕਿ 2022 ਵਿੱਚ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਬਾਗਡੋਰ ਸੰਭਾਲੀ ਸੀ, ਉਦੋਂ ਪੰਜਾਬ ਵਿੱਚ ਮਹਿਜ਼ 21-22 ਪ੍ਰਤੀਸ਼ਤ ਨਹਿਰੀ ਪਾਣੀ ਵਰਤਿਆ ਜਾਂਦਾ ਸੀ, ਜੋ ਅੱਜ ਵਧ ਕੇ 88 ਪ੍ਰਤੀਸ਼ਤ ਦੇ ਨੇੜੇ ਪਹੁੰਚ ਗਿਆ ਹੈ। ਉਹਨਾਂ ਕਿਹਾ ਕਿ ਸਰਕਾਰ ਆਉਂਦਿਆਂ ਹੀ ਪਹਿਲ ਦੇ ਆਧਾਰ ਤੇ ਨਹਿਰੀ ਪਾਣੀ ਨੂੰ ਰਿਵਾਈਵ ਕਰਨ ਦੇ ਹੁਕਮ ਦਿੱਤੇ ਗਏ ਅਤੇ ਮਿੱਟੀ ਹੇਠ ਦੱਬੀਆਂ ਕੱਸੀਆਂ ਲੱਭ ਕੇ ਅਤੇ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾ ਕੇ ਅੱਜ ਕਿਸਾਨਾਂ ਨੂੰ ਫ਼ਸਲਾਂ ਲਈ ਮਿਨਰਲ-ਰਿਚ ਨਹਿਰੀ ਪਾਣੀ ਦਿੱਤਾ ਜਾ ਰਿਹਾ ਹੈ। ਇਸ ਨਾਲ ਧਰਤੀ ਹੇਠੋਂ ਪਾਣੀ ਕੱਢਣਾ ਘਟਿਆ ਹੈ ਅਤੇ ਪਿੰਡਾਂ ਵਿੱਚ ਬੋਰਾਂ ਵਿੱਚ ਹੋਰ ‘ਟੋਟਾ’ ਪਾਉਣ ਦੀ ਨੌਬਤ ਖ਼ਤਮ ਹੋ ਕੇ ਪਾਣੀ ਦਾ ਪੱਧਰ ਸੁਧਰਨਾ ਸ਼ੁਰੂ ਹੋਇਆ ਹੈ।

ਉਹਨਾਂ ਕਿਹਾ ਕਿ ਵਿਧਾਨ ਸਭਾ ਦੇ ਹਾਲੀਆ ਸੈਸ਼ਨ ਦੇ ਆਖਰੀ ਦਿਨ ਪਾਣੀਆਂ ਨਾਲ ਸਬੰਧਤ ਇਤਿਹਾਸਕ ਮਤੇ ਲਿਆਂਦੇ ਗਏ ਸਨ, ਪਰ ਕਾਂਗਰਸ ਜਾਣਬੁੱਝ ਕੇ ਡਰਾਮਾ ਰਚ ਕੇ ਵਿਧਾਨ ਸਭਾ ਵਿੱਚੋਂ ਬਾਹਰ ਭੱਜ ਗਈ। ਉਹਨਾਂ ਕਿਹਾ ਕਿ ਵੋਟ ਚੋਰੀ ਦੇ ਮਾਮਲੇ ਤੇ ਤਾਂ ਉਹ ਪਾਸਾ ਵੱਟ ਹੀ ਰਹੇ ਸਨ, ਪਰ ਪਾਣੀਆਂ ਦੇ ਮੁੱਦੇ ਤੇ ਵੀ ਗਾਇਬ ਰਹੇ।

Continue Reading

Latest News

Trending