Connect with us

Editorial

ਹੱਕ ਜਿਨ੍ਹਾਂ ਦੇ ਆਪਣੇ, ਆਪੇ ਲੈਣਗੇ ਖੋਹ

Published

on

ਸਾਲ 2022 ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰਜ਼ ਇਤਿਹਾਸ ਵਿੱਚ ਕਾਲਾ ਸਾਲ ਹੋ ਨਿੱਬੜਿਆ ਹੈ। ਇਸ ਸਾਲ ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਤੋਂ ਅੱਕੇ ਮੁਲਾਜ਼ਮਾਂ, ਪੈਨਸ਼ਨਰਾਂ, ਕਿਸਾਨਾਂ ਅਤੇ ਮਜ਼ਦੂਰਾਂ ਨੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਵਲੋਂ ਕੀਤੇ ਚੋਣ ਵਾਅਦਿਆਂ ( ਜਿਨ੍ਹਾਂ ਵਿੱਚ ਮੁਲਾਜ਼ਮਾਂ ਲਈ ਕੀਤੇ ਗਏ ਵਾਅਦੇ ਵੀ ਜ਼ਿਕਰਯੋਗ ਹਨ) ਨੂੰ ਮੁੱਖ ਰੱਖਦੇ ਹੋਏ ਆਮ ਆਦਮੀ ਪਾਰਟੀ ਨੂੰ ਬਿਨਾਂ ਵਿਚਾਰ ਕੀਤੇ ਵੋਟਾਂ ਪਾਕੇ ਪੰਜਾਬ ਵਿਧਾਨ ਸਭਾ ਵਿੱਚ 92 ਵਿਧਾਇਕ ਭੇਜੇ। ਇਸਦਾ ਸਿੱਟਾ ਇਹ ਨਿਕਲਿਆ ਕਿ ਇਹ ਪਾਰਟੀ ਆਪਣੇ ਅਸਲੀ ਵਜੂਦ ਨੂੰ ਭੁੱਲ ਗਈ ਅਤੇ ਆਪਣੇ ਮੁੱਖ ਵੋਟ ਬੈਂਕ ਮੁਲਾਜ਼ਮ ਅਤੇ ਪੈਨਸ਼ਨਰਾਂ ਨੂੰ ਉਨ੍ਹਾਂ ਨਾਲ ਚੋਣ ਤੋਂ ਪਹਿਲਾਂ ਕੀਤੇ ਵਾਅਦਿਆਂ ਤੋਂ ਇਸ ਕਰਕੇ ਮੁੱਕਰ ਗਈ ਕਿ ਇਸ ਵਰਗ ਦੀ ਵੋਟ 3 ਫੀਸਦੀ ਹੈ ਅਤੇ ਇਹ ਅਗਲੀਆਂ ਵੋਟਾਂ ਵਿੱਚ ਆਮ ਆਦਮੀ ਪਾਰਟੀ ਲਈ ਕੋਈ ਅਹਿਮੀਅਤ ਨਹੀਂ ਰੱਖਦੀ।

ਸਰਕਾਰ ਦੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਦਿਖਾਈ ਜਾ ਰਹੀ ਵਾਅਦਾ ਖਿਲਾਫੀ ਨੂੰ ਮੁੱਖ ਰੱਖਦਿਆਂ ਆਪਣੀਆਂ ਵਖ ਵਖ ਸੰਵਿਧਾਨਿਕ ਮੰਗਾਂ/ਹੱਕਾਂ ਦੀ ਪ੍ਰਾਪਤੀ ਲਈ ਮਾਨਯੋਗ ਹਾਈ ਕੋਰਟ ਵੱਲ ਇਨਸਾਫ਼ ਲੈਣ ਲਈ ਰੁੱਖ ਕੀਤਾ। ਕੁਝ ਫੈਸਲੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਹੋਏ ਅਤੇ ਕੁਝ ਵਿੱਚ ਸਪੀਕਿੰਗ ਹੁਕਮ ਜਾਰੀ ਕਰਨ ਲਈ ਆਦੇਸ਼ ਕੀਤੇ। ਖਾਸ ਕਰਕੇ 2.59 ਦੇ ਫੈਕਟਰ ਦੇ ਕੇਸ ਵਿੱਚ ਵਿੱਤ ਵਿਭਾਗ ਵੱਲੋਂ ਤੱਥਾਂ ਨੂੰ ਮਰੋੜ ਤਰੋੜ ਕੇ ਹੁਕਮ ਜਾਰੀ ਕੀਤੇ ਗਏ, ਜਿਨ੍ਹਾਂ ਨੂੰ ਦੁਬਾਰਾ ਹਾਈ ਕੋਰਟ ਵਿੱਚ ਚੈਲਿੰਜ ਕੀਤਾ ਗਿਆ ਅਤੇ ਅਦਾਲਤ ਦੇ ਹੁਕਮਾਂ ਦੀ ਮਾਣ ਹਾਨੀ ਦਾ ਕੇਸ ਵੀ ਮਾਨਯੋਗ ਹਾਈ ਕੋਰਟ ਵਿੱਚ ਵਿਚਾਰ ਅਧੀਨ ਹੈ।

ਇਕ ਹੋਰ ਮਹੱਤਵਪੂਰਨ ਕੇਸ ਜਿਸਦਾ ਸਬੰਧ ਆਈ ਏ ਐਸ, ਆਈ ਪੀ ਐਸ, ਆਈ ਐਫ ਐਸ ਅਤੇ ਜ਼ੁਡੀਸ਼ੀਅਲ ਅਧਿਕਾਰੀਆਂ ਦੇ ਬਰਾਬਰ ਮਹਿੰਗਾਈ ਭੱਤੇ ਦੀ ਅਦਾਇਗੀ ਦੇਣ ਨਾਲ ਹੈ, ਮਾਨਯੋਗ ਹਾਈ ਕੋਰਟ ਦੇ ਸਿੰਗਲ ਜੱਜ ਜਸਟਿਸ ਹਰਪ੍ਰੀਤ ਸਿੰਘ ਬਰਾੜ ਦੀ ਅਦਾਲਤ ਵਿੱਚ ਚਲਦਾ ਸੀ। ਉਸ ਵੇਲੇ ਸ੍ਰੀ ਅਮਨ ਅਰੋੜਾ, ਡ: ਬਲਜੀਤ ਕੌਰ ਅਤੇ ਹਰਪਾਲ ਚੀਮਾ ਦੇ ਦਸਖਤਾਂ ਹੇਠ ਇੱਕ ਰਿਪੋਰਟ ਕੋਰਟ ਵਿੱਚ ਦਾਇਰ ਕੀਤੀ ਜਿਸ ਨਾਲ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੇ ਸੰਵਿਧਾਨਿਕ ਹੱਕਾਂ ਨੂੰ ਇਹ ਕਹਿਕੇ ਖੋਰਾ ਲਾਉਣ ਦਾ ਕੋਝਾ ਯਤਨ ਕੀਤਾ ਕਿ ਪੰਜਾਬ ਦੇ ਮੁਲਾਜ਼ਮ ਕੇਂਦਰ ਦੇ ਮੁਲਾਜ਼ਮਾਂ ਤੋਂ ਵਧ ਤਨਖਾਹ ਲੈਂਦੇ ਹਨ, ਜਿਸ ਕਾਰਨ ਮਹਿੰਗਾਈ ਭੱਤਾ ਨਹੀਂ ਦਿੱਤਾ ਜਾ ਸਕਦਾ, ਪਰ ਮਾਨਯੋਗ ਹਾਈ ਕੋਰਟ ਨੇ ਸਰਕਾਰ ਦੀ ਇਸ ਚਾਲ ਦਾ ਪਰਦਾ ਫਾਸ਼ ਕਰਦਿਆਂ 8-4-2026 ਨੂੰ ਪਾਵਰ ਕਾਰਪੋਰੇਸ਼ਨ ਦੇ ਪੈਨਸ਼ਨਰਾਂ ਅਤੇ ਸਰਕਾਰੀ ਮੁਲਾਜ਼ਮਾਂ ਦੇ ਹੱਕ ਵਿੱਚ ਫੈਸਲਾ ਦਿੱਤਾ ਅਤੇ ਮਹਿੰਗਾਈ ਭੱਤੇ ਦੇ ਬਕਾਇਆਂ ਦੀ ਅਦਾਇਗੀ 30 ਜੂਨ 2026 ਤਕ ਆਈ ਏ ਐਸ, ਆਈਪੀਐਸ, ਆਈਐਫਐਸ ਅਧਿਕਾਰੀਆਂ ਦੇ ਬਰਾਬਰ ਕਰਨ ਦੇ ਆਦੇਸ਼ ਦਿੱਤੇ।

ਸਰਕਾਰ ਨੇ ਮਾਨਯੋਗ ਹਾਈ ਕੋਰਟ ਦੇ ਇਨ੍ਹਾਂ ਆਦੇਸ਼ਾਂ ਦੀ ਪਾਲਣਾ ਕਰਨ ਦੀ ਬਜਾਏ ਡਬਲ ਬੈਂਚ ਕੋਲ ਕਈ ਐਲ ਪੀ ਏ ਦਾਇਰ ਕਰ ਦਿੱਤੇ, ਜਿਨ੍ਹਾਂ ਦੀ ਸੁਣਵਾਈ ਮਾਨਯੋਗ ਐਕਟਿੰਗ ਚੀਫ਼ ਜਸਟਿਸ, ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਮਾਨਯੋਗ ਜਸਟਿਸ ਰੋਹਿਤ ਕਪੂਰ ਨੇ 22-7-2026 ਤਕ ਲਗਾਤਾਰ ਕੀਤੀ ਅਤੇ 3-8-2026 ਨੂੰ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੇ ਹੱਕ ਵਿੱਚ ਫੈਸਲਾ ਦਿੰਦੇ ਹੋਏ ਮਾਨਯੋਗ ਸਿੰਗਲ ਜੱਜ ਦੇ ਫੈਸਲੇ ਨੂੰ ਸਹੀ ਦਸਦੇ ਹੋਏ ਸਰਕਾਰ ਦੀਆਂ ਸਾਰੀਆਂ ਐਲ ਪੀ ਏ ਖ਼ਾਰਜ ਕਰ ਦਿੱਤੀਆਂ ਅਤੇ ਨਾਲ ਹੀ ਇਹ ਆਦੇਸ਼ ਦਿੱਤੇ ਕਿ ਮਹਿੰਗਾਈ ਭਤਾ ਆਈ ਏ ਐਸ, ਆਈ ਪੀ ਐਸ ਅਤੇ ਆਈ ਐਫ ਐਸ ਅਧਿਕਾਰੀਆਂ ਦੇ ਬਰਾਬਰ ਭਾਵ 60 ਫੀਸਦੀ ਕੀਤਾ ਜਾਵੇ ਅਤੇ ਇਸ ਦੇ ਬਕਾਇਆਂ ਦੀ ਸਮੇਤ ਤਨਖਾਹ ਕਮਿਸ਼ਨ ਦੇ ਬਕਾਇਆਂ ਦੀ ਅਦਾਇਗੀ 15 ਦਿਨਾਂ ਦੇ ਅੰਦਰ 2 ਕੀਤੀ ਜਾਵੇ ਅਤੇ ਮੁੱਖ ਸਕਤਰ, ਪੰਜਾਬ ਨੂੰ ਵੀ ਹਦਾਇਤ ਕੀਤੀ ਗਈ ਕਿ ਉਹ ਇਨ੍ਹਾਂ ਹੁਕਮਾਂ ਦੀ ਪਾਲਣਾ ਰਿਪੋਰਟ 31 ਅਗਸਤ 2026 ਤਕ ਮਾਨਯੋਗ ਹਾਈ ਕੋਰਟ ਵਿੱਚ ਪੇਸ਼ ਕਰਨ।

ਪੰਜਾਬ ਸਰਕਾਰ ਨੇ ਮਾਨਯੋਗ ਹਾਈ ਕੋਰਟ ਦੇ 3-8-2026 ਦੇ ਫੈਸਲੇ ਦੀ ਵੀ ਪਾਲਣਾ ਨਹੀਂ ਕੀਤੀ, ਜਿਸ ਕਾਰਨ ਹੁਣ ਮੁੱਖ ਸਕਤਰ, ਪੰਜਾਬ, ਵਿੱਤ ਸਕੱਤਰ, ਪੰਜਾਬ ਅਤੇ ਹੋਰਾਂ ਵਿਰੁੱਧ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਕਾਰਨ ਕਾਂਟੈਪਟ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸਦੀ ਸੁਣਵਾਈ 27-10-2026 ਨਿਸ਼ਚਤ ਕੀਤੀ ਗਈ ਹੈ।

ਜਿਥੋਂ ਤਕ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਸਬੰਧ ਹੈ, ਇਸ ਬਾਰੇ ਇਸ ਸਰਕਾਰ ਨੇ ਇਕ ਲੰਗੜੀ ਚਿੱਠੀ ਜਾਰੀ ਕੀਤੀ ਸੀ ਕਿ ਪੰਜਾਬ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਂਦੀ ਹੈ, ਪਰ ਸਰਕਾਰ ਨੇ ਪੰਜਾਬ ਦੇ ਮੁਲਾਜ਼ਮਾਂ ਨੂੰ ਮੂਰਖ ਬਣਾਉਣ ਦਾ ਯਤਨ ਕੀਤਾ ਕਿਉਂਕਿ ਉਸ ਲੰਗੜੀ ਚਿੱਠੀ ਅਨੁਸਾਰ ਪੰਜਾਬ ਸਰਕਾਰ ਦੇ ਸਬੰਧਿਤ ਨਿਯਮਾਂ ਵਿੱਚ ਅਧਿਸੂਚਨਾ ਜਾਰੀ ਕਰਕੇ ਸੋਧ ਨਹੀਂ ਕੀਤੀ ਜਿਹੜੀ ਕਿ ਬਹੁਤ ਜ਼ਰੂਰੀ ਸੀ ਅਤੇ ਸਰਕਾਰ ਦੀ ਇਹ ਕਾਰਵਾਈ ਪੰਜਾਬ ਦੇ ਮੁਲਾਜ਼ਮਾਂ ਨਾਲ ਇਕ ਧੋਖਾ ਸੀ।

ਸਰਕਾਰ ਨੇ ਆਪਣੇ ਚੋਣ ਇਕਰਾਰ ਨਾਮੇ ਅਨੁਸਾਰ, ਕੱਚੇ ਮੁਲਾਜ਼ਮ ਪੱਕੇ ਨਹੀਂ ਕੀਤੇ, ਠੇਕੇਦਾਰੀ ਸਿਸਟਮ ਬੰਦ ਨਹੀਂ ਕੀਤਾ ਜਿਸ ਨਾਲ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਦੀ ਪ੍ਰਾਈਵੇਟ ਅਦਾਰਿਆਂ ਦੁਆਰਾ ਭਰਤੀ ਦੇ ਨਾਂ ਤੇ ਕੀਤੀ ਜਾਂਦੀ ਲੁੱਟ ਬੰਦ ਨਹੀਂ ਹੋਈ। ਤਿੰਨ ਸਾਲ ਮੁੱਢਲੀ ਤਨਖਾਹ ਤੇ ਰੱਖਣ ਦੇ ਨਿਯਮਾਂ ਵਿੱਚ ਸੋਧ ਕਰਕੇ ਪਰਖਕਾਲ ਦਾ ਸਮਾਂ ਤਿੰਨ ਸਾਲ ਤੋਂ ਘਟਾ ਕੇ ਇਕ ਸਾਲ ਨਹੀਂ ਕੀਤਾ ਗਿਆ। ਆਸ਼ਾ ਵਰਕਰਾਂ ਦਾ ਮਾਣ ਭੱਤਾ ਚੋਣ ਇਕਰਾਰਨਾਮੇ ਅਨੁਸਾਰ ਡਬਲ ਨਹੀਂ ਕੀਤਾ ਗਿਆ। ਆਂਗਣਵਾੜੀ ਵਰਕਰਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ। ਕੇਂਦਰ ਸਰਕਾਰ ਦੀ ਤਰਜ਼ ਤੇ ਨਰੇਗਾ ਬੰਦ ਕਰਕੇ ਮਜ਼ਦੂਰਾਂ ਦੀਰੋਜ਼ੀ ਰੋਟੀ ਤੇ ਲੱਤ ਮਾਰ ਕੇ ਭਾਜਪਾ ਦਾ ਸਾਥ ਦਿੱਤਾ।

ਇਥੇ ਹੀ ਬਸ ਨਹੀਂ ਸ਼ਾਂਤਮਈ ਢੰਗ ਨਾਲ ਸੰਵਿਧਾਨ ਦੇ ਦਾਇਰੇ ਵਿੱਚ ਰਹਿੰਦੇ ਹੋਏ ਆਪਣੇ ਹੱਕ ਮੰਗ ਰਹੇ ਪੰਜਾਬ ਦੇ ਸਮੁੱਚੇ ਵਰਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੇ ਲਾਠੀ ਚਾਰਜ ਦੇ ਨਾਲ ਨਾਲ ਜਲ ਤੋਪਾਂ ਨਾਲ ਪਾਣੀ ਦੀਆਂ ਬੁਛਾੜਾਂ ਮਾਰਕੇ ਸਾਡੀਆਂ ਸਤਿਕਾਰਯੋਗ ਬੀਬੀਆਂ ,ਭੈਣਾਂ ਦੀਆਂ ਚੁੰਨੀਆਂ ਲਾਹ ਕੇ ਅਤੇ ਬਜ਼ੁਰਗਾਂ ਦੀਆਂ ਦਸਤਾਰਾਂ ਲਾਹ ਕੇ, ਨੌਜਵਾਨਾਂ ਦੀਆਂ ਲੱਤਾਂ ਬਾਹਾਂ ਤੋੜੀਆਂ ਗਈਆਂ ਜਿਸਨੂੰ ਪੰਜਾਬ ਦੇ ਇਤਿਹਾਸ ਵਿੱਚ ਕਾਲੇ ਅੱਖਰਾਂ ਵਿੱਚ ਲਿਖਿਆ ਜਾਵੇਗਾ।

ਵਿੱਤ ਮੰਤਰੀ ਹਰਪਾਲ ਚੀਮਾ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਉਨ੍ਹਾਂ ਦੀਆਂ ਮੰਗਾਂ ਵਿਚਾਰਨ ਲਈ ਕਈ ਮੀਟਿੰਗਾਂ ਤਹਿ ਕੀਤੀਆਂ, ਪਰ ਇਹ ਮੀਟਿੰਗਾਂ ਜਾਂ ਤਾਂ ਰਦ ਕੀਤੀਆਂ ਗਈਆਂ ਹਨ ਜਾਂ ਫਿਰ ਬਿਨਾਂ ਕਿਸੇ ਸਿੱਟੇ ਤੋਂ ਸਮਾਪਤ ਹੋਈਆਂ। ਸਰਕਾਰ ਦੀ ਨੀਅਤ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਮੁੱਖ ਤੌਰ ਤੇ ਮਾੜੀ ਰਹੀ। ਜਿਥੋਂ ਤਕ ਮੁੱਖ ਮੰਤਰੀ ਨਾਲ ਮੀਟਿੰਗ ਸਿਰੇ ਨਾ ਚੜ੍ਹਨ ਦਾ ਸਵਾਲ ਹੈ, ਇਹ ਮੀਟਿੰਗ ਦੂਜੀ ਮੀਟਿੰਗ ਸੀ, ਜਿਹੜੀ ਪਹਿਲਾਂ ਵਾਂਗ ਬੇਸਿੱਟਾ ਰਹੀ। ਪਿਛਲੇ ਸਾਲ ਜਲੰਧਰ ਦੀ ਜ਼ਿਮਨੀ ਚੋਣ ਸਮੇਂ ਮੁੱਖ ਮੰਤਰੀ ਮਾਨ ਨੇ ਜਲੰਧਰ ਨੇੜੇ ਫਗਵਾੜਾ ਦੇ ਇਕ ਹੋਟਲ ਵਿੱਚ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਦੀ ਇਕ ਮੀਟਿੰਗ ਸੱਦੀ ਸੀ, ਪਰ ਇਹ ਮੀਟਿੰਗ ਵੀ ਬੇਸਿੱਟਾ ਰਹੀ ਸੀ।

ਹੁਣ ਜਿਹੜੀ ਮੀਟਿੰਗ 27 ਅਗਸਤ ਨੂੰ ਪੰਜਾਬ ਭਵਨ ਵਿੱਚ ਕੀਤੀ ਜਾਣੀ ਸੀ, ਉਸਦਾ ਥਾਂ ਚੰਡੀਗੜ੍ਹ ਦੀ ਬਜਾਏ ਪੀ ਏ ਪੀ (ਪੰਜਾਬ ਆਰਮਡ ਪੁਲੀਸ), ਜਲੰਧਰ (ਜਿੱਥੇ ਮੁੱਖ ਮੰਤਰੀ ਨੇ ਪੁਲੀਸ ਦੇ ਨਵੇਂ ਭਰਤੀ ਕੀਤੇ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡਣੇ ਸਨ) ਵਿਖੇ ਤਬਦੀਲ ਕੀਤਾ ਗਿਆ ਜਦਕਿ ਸੇਵਾ ਰੂਲਾਂ ਅਨੁਸਾਰ ਨਿਯੁਕਤੀ ਪਤਰ ਰਜਿਸਟਰਡ ਪਤਰ ਰਾਹੀਂ ਸਬੰਧਿਤ ਚੁਣੇ ਗਏ ਉਮੀਦਵਾਰ ਨੂੰ ਭੇਜੇ ਜਾਣ ਹੁੰਦੇ ਹਨ। ਇਹ ਵੀ ਸਪਸ਼ਟ ਕੀਤਾ ਜਾਂਦਾ ਹੈ ਕਿ ਸਰਕਾਰ ਦੇ ਕਿਸੇ ਵੀ ਮੰਤਰੀ ਅਤੇ ਮੁੱਖ ਮੰਤਰੀ ਨੂੰ ਸਟੇਜਾਂ ਤੇ ਨਿਯੁਕਤੀ ਪਤਰ ਵੰਡਣ ਦਾ ਕੋਈ ਅਧਿਕਾਰ ਨਹੀਂ ਹੈ। ਇਹ ਸਥਾਨ ਸ਼ਾਇਦ ਇਸ ਕਰਕੇ ਮੀਟਿੰਗ ਲਈ ਚੁਣਿਆ ਗਿਆ ਹੋਵੇਗਾ ਕਿ ਇਥੇ ਮੀਟਿੰਗ ਲਈ ਸੱਦੇ ਗਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਆਗੂ ਪੁਲੀਸ ਦੇ ਸਾਏ ਤੋਂ ਡਰਕੇ ਆਪਣੀਆਂ ਮੰਗਾਂ ਸਬੰਧੀ ਜਦੋਂ ਜਹਿਦ ਛਡ ਦੇਣਗੇ, ਪਰ ਹੋਇਆ ਇਸਦੇ ਉਲਟ। ਜਦੋਂ ਆਗੂਆਂ ਨੇ ਸ਼ਰਤਾਂ ਤਹਿਤ ਮੀਟਿੰਗ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ। ਇਸ ਦਿਨ ਮੁੱਖ ਮੰਤਰੀ ਨੇ ਆਪਣੀ ਪੱਧਰ ਤੇ ਬੁਲਾਈ ਮੀਟਿੰਗ ਤੋਂ ਭਗੌੜਾ ਹੋਣ ਦਾ ਪ੍ਰਤੱਖ ਸਬੂਤ ਦਿੱਤਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਹਨਾਂ ਦੀ ਆਮ ਆਦਮੀ ਪਾਰਟੀ ਦਿਲ ਵਿੱਚੋਂ ਇਹ ਭੁਲੇਖਾ ਕੱਢ ਦੇਣ ਕਿ ਪੰਜਾਬ ਦੇ ਅੱਣਖੀ ਮੁਲਾਜ਼ਮ ਅਤੇ ਪੈਨਸ਼ਨਰ ਉਹਨਾਂ ਦੀਆਂ ਧਮਕੀਆਂ ਤੋਂ ਡਰ ਜਾਣਗੇ। ਇਹ ਸਭ ਕੁਝ ਜਾਣਦੇ ਹਨ ਕਿ ਆਪਣੇ ਸੰਵਿਧਾਨਿਕ ਹੱਕ ਕਿਵੇਂ ਲੈਣੇ ਹਨ। ਜੇਕਰ ਸਰਕਾਰ ਮਾਨਯੋਗ ਹਾਈ ਕੋਰਟ ਦੇ ਹੁਕਮਾਂ ਨੂੰ ਨਹੀਂ ਮੰਨਦੀ ਤਾਂ ਮੁਲਾਜਮ ਅਤੇ ਪੈਂਸ਼ਨਰ ਹੱਕ ਖੋਹਣ ਦਾ ਜਿਗਰਾ ਵੀ ਰੱਖਦੇ ਹਨ। ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਅਕਸਰ ਕਹਿੰਦੇ ਹਨ ਕਿ ਹੱਕ ਜਿਨ੍ਹਾਂ ਦੇ ਆਪਣੇ, ਆਪੇ ਲੈਣਗੇ ਖੋਹ। ਇਸ ਲਈ ਸਰਕਾਰ ਨੂੰ ਮਾਨਯੋਗ ਅਦਾਲਤ ਦੇ ਫੈਸਲਿਆਂ ਦੀ ਪਾਲਣਾ ਕਰਦੇ ਹੋਏ ਸੰਵਿਧਾਨਿਕ ਅਤੇ ਹੱਕੀ ਮੰਗਾਂ ਦੀ ਤੁਰੰਤ ਪਰਵਾਨਗੀ ਦਿੰਦੇ ਹੋਏ ਪਤਰ ਜਾਰੀ ਕਰਨਾ ਚਾਹੀਦਾ ਹੈ ਅਤੇ ਬਾਕੀ ਮੰਗਾਂ ਜਿਨ੍ਹਾਂ ਤੇ ਵਿਚਾਰ ਕਰਨੀ ਬਣਦੀ ਹੈ, ਵਾਸਤੇ ਮੁੱਖ ਮੰਤਰੀ ਦੀ ਕੁਰਸੀ ਦਾ ਸਤਿਕਾਰ ਕਰਦੇ ਹੋਏ ਮੁਲਾਜਮਾਂ ਨਾਲ ਪੰਜਾਬ ਭਵਨ ਵਿੱਚ ਮੀਟਿੰਗ ਕਰਨੀ ਚਾਹੀਦੀ ਹੈ ਨਾ ਕਿ ਬਾਹਰ ਕਿਸੇ ਹੋਰ ਜ਼ਿਲ੍ਹੇ ਵਿੱਚ।

ਗੁਰਬਖਸ਼ ਸਿੰਘ,

ਸਟੇਟ ਪ੍ਰੈਸ ਸਕੱਤਰ,

ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ

Continue Reading

Editorial

ਮਸਾਲੇ ਵਾਲੇ ਫਲਾਂ ਅਤੇ ਕੈਮੀਕਲ ਵਾਲੀਆਂ ਸਬਜੀਆਂ ਦੀ ਵਿਕਰੀ ਤੇ ਸਖਤੀ ਨਾਲ ਰੋਕ ਲਗਾਏ ਪ੍ਰਸ਼ਾਸਨ

Published

on

By

ਸਬਜੀਆਂ ਅਤੇ ਫਲ ਹਰ ਘਰ ਦੀ ਲੋੜ ਹਨ ਅਤੇ ਹਰ ਵਿਅਕਤੀ ਆਪਣੇ ਘਰ ਪਰਿਵਾਰ ਲਈ ਫਲਾਂ ਅਤੇ ਸਬਜੀਆਂ ਦੀ ਖਰੀਦ ਕਰਦਾ ਹੈ ਪਰੰਤੂ ਬਾਜਾਰ ਵਿੱਚ ਅੱਜਕੱਲ ਜਿਹੜੇ ਫਲ ਅਤੇ ਸਬਜੀਆਂ ਵਿਕ ਰਹੇ ਹਨ ਉਹਨਾਂ ਬਾਰੇ ਇਹ ਗੱਲ ਆਮ ਆਖੀ ਜਾਂਦੀ ਹੈ ਕਿ ਇਹਨਾਂ ਫਲਾਂ ਅਤੇ ਸਬਜੀਆਂ ਵਿੱਚੋਂ ਜਿਆਦਾਤਰ ਨੂੰ ਮਨੁੱਖੀ ਸਿਹਤ ਲਈ ਨੁਕਸਾਨਦਾਇਕ ਕੈਮੀਕਲਾਂ ਦੀ ਮਦਦ ਨਾਲ ਪਕਾਇਆ ਅਤੇ ਵੱਡਾ ਕੀਤਾ ਜਾਂਦਾ ਹੈ। ਅਜਿਹਾ ਆਮ ਕਿਹਾ ਜਾਂਦਾ ਹੈ ਕਿ ਕੱਦੂ ਦੀ ਵੇਲ ਅਤੇ ਹੋਰਨਾਂ ਸਬਜੀਆਂ ਦੀਆਂ ਜੜ੍ਹਾਂ ਵਿਚ ਮੱਝਾਂ ਨੂੰ ਧਾਰ ਚੋਣ ਵੇਲੇ ਲਗਾਇਆ ਜਾਣ ਵਾਲਾ ਹਾਰਮੋਨ ਦਾ ਟੀਕਾ ਲਗਾਇਆ ਜਾਂਦਾ ਹੈ ਜਿਸ ਨਾਲ ਇਹਨਾਂ ਸਬਜੀਆਂ ਦਾ ਆਕਾਰ ਰਾਤੋ ਰਾਤ ਬਹੁਤ ਵੱਡਾ ਹੋ ਜਾਂਦਾ ਹੈ।

ਬਾਜਾਰ ਵਿੱਚ ਵਿਕਦੇ ਫਲਾਂ ਨੂੰ ਵੀ ਵੱਖ ਵੱਖ ਕੈਮੀਕਲਾਂ ਦੀ ਵਰਤੋਂ ਕਰਕੇ ਪਕਾਉਣ ਅਤੇ ਚਮਕਦਾਰ ਬਣਾਉਣ ਦੀ ਗੱਲ ਅਕਸਰ ਸਾਮ੍ਹਣੇ ਆਉਂਦੀ ਹੈ। ਮਸਾਲਿਆਂ ਨਾਲ ਪਕਾ ਕੇ ਵੇਚੇ ਜਾ ਰਹੇ ਫਲ ਹੋਣ ਜਾਂ ਟੀਕੇ ਲਗਾ ਕੇ ਵੱਡੀਆਂ ਕੀਤੀਆਂ ਸਬਜੀਆਂ, ਇਹ ਸਾਰੇ ਹੀ ਇਹਨਾਂ ਕੈਮੀਕਲਾਂ ਦੇ ਅਸਰ ਕਾਰਨ ਜਹਿਰ ਵਰਗੀਆਂ ਹੀ ਹੋ ਜਾਂਦੀਆਂ ਹਨ। ਇਹਨਾਂ ਕਾਰਨ ਮਨੁੱਖੀ ਸਿਹਤ ਨੂੰ ਭਾਰੀ ਨੁਕਸਾਨ ਪਹੁੰਚਦਾ ਹੈ ਅਤੇ ਆਮ ਲੋਕ ਜਿਹੜੇ ਇਹਨਾਂ ਫਲਾਂ ਨੂੰ ਇਹ ਸੋਚ ਕੇ ਖਰੀਦਦੇ ਹਨ ਕਿ ਇਹ ਉਹਨਾਂ ਦੀ ਸਿਹਤ ਲਈ ਲਾਭਦਾਇਕ ਹਨ, ਉਹ ਉਲਟਾ ਆਪਣੇ ਅਤੇ ਆਪਣੇ ਪਰਿਵਾਰ ਲਈ ਹਲਕਾ ਜਹਿਰ ਖਰੀਦ ਰਹੇ ਹੁੰਦੇ ਹਨ।

ਕਿਸਾਨਾਂ ਵਲੋਂ ਸਬਜੀਆਂ ਅਤੇ ਫਲਾਂ ਉੱਪਰ ਕੀੜੇਮਾਰ ਦਵਾਈਆਂ ਦਾ ਭਾਰੀ ਛਿੜਕਾਅ ਕੀਤਾ ਜਾਂਦਾ ਹੈ ਜਿਸ ਕਾਰਨ ਇਹ ਸਬਜੀਆਂ ਅਤੇ ਫਲ ਪਹਿਲਾਂ ਹੀ ਕੀਟਨਾਸ਼ਕਾਂ ਦੇ ਜਹਿਰ ਦੇ ਅਸਰ ਹੇਠ ਆ ਜਾਂਦੇ ਹਨ ਅਤੇ ਬਾਕੀ ਦੀ ਕਸਰ ਇਹਨਾਂ ਸਬਜੀਆਂ ਅਤੇ ਫਲਾਂ ਦੇ ਵਪਾਰੀ (ਅਤੇ ਦੁਕਾਨਦਾਰ) ਪੂਰੀ ਕਰ ਦਿੰਦੇ ਹਨ, ਜੋ ਕੱਚੇ ਫਲਾਂ ਅਤੇ ਕੱਚੀਆਂ ਸਬਜੀਆਂ ਨੂੰ ਕੈਮੀਕਲਾਂ, ਰਸਾਇਣਾਂ, ਮਸਾਲਿਆਂ ਨਾਲ ਪਕਾ ਕੇ ਵੇਚਦੇ ਹਨ ਅਤੇ ਆਮ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਦੇ ਹਨ। ਸਬਜੀਆਂ ਅਤੇ ਫਲ ਵੇਚਣ ਵਾਲੇ ਦੁਕਾਨਦਾਰਾਂ ਵਲੋਂ ਆਪਣੀਆਂ ਸਬਜੀਆਂ ਅਤੇ ਫਲਾਂ ਨੂੰ ਚਮਕਦਾਰ ਬਣਾਉਣ ਅਤੇ ਕੱਚੇ ਫਲਾਂ ਨੂੰ ਪਕਾਉਣ ਲਈ ਖੁੱਲੇਆਮ ਕਈ ਤਰ੍ਹਾਂ ਦੇ ਮਸਾਲਿਆਂ ਅਤੇ ਰਸਾਇਣਾਂ ਦੀ ਵਰਤੋ ਕੀਤੀ ਜਾਂਦੀ ਹੈ, ਜੋ ਕਿ ਮਨੁੱਖੀ ਸਿਹਤ ਲਈ ਹਾਨੀਕਾਰਕ ਹੁੰਦੇ ਹਨ।

ਫਲ ਅਤੇ ਸਬਜੀਆਂ ਵੇਚਣ ਵਾਲੇ ਦੁਕਾਨਦਾਰ ਇਹ ਲੋਕ ਕੈਮੀਕਲਾਂ ਨਾਲ ਤਿਆਰ ਕੀਤੀਆਂ ਸਬਜੀਆਂ ਅਤੇ ਫਲਾਂ ਨੂੰ ਬਾਜਾਰ ਵਿੱਚ ਵੇਚ ਕੇ ਖੁਦ ਤਾਂ ਭਾਰੀ ਮੁਨਾਫਾ ਕਮਾਉਂਦੇ ਹਨ ਪਰੰਤੂ ਜਿਹੜੇ ਲੋਕ ਅਜਿਹੀਆਂ ਸਬਜੀਆਂ ਖਰੀਦ ਕੇ ਖਾਂਦੇ ਹਨ ਉਹਨਾਂ ਦੀ ਸਿਹਤ ਨੂੰ ਭਾਰੀ ਨੁਕਸਾਨ ਪਹੁੰਚਦਾ ਹੈ। ਇਸ ਸੰਬੰਧੀ ਗੱਲ ਕਰਨ ਤੇ ਖੇਤੀ ਮਾਹਿਰ ਸਲਾਹ ਦਿੰਦੇ ਹਨ ਕਿ ਆਮ ਲੋਕਾਂ ਨੂੰ ਸਿਰਫ ਉਹ ਸਬਜੀ ਖਾਣੀ ਚਾਹੀਦੀ ਹੈ, ਜਿਸ ਨੂੰ ਕੀੜਾ ਲਗਿਆ ਹੋਵੇ, ਕਿਉਂਕਿ ਕੀੜਾ ਉਸੇ ਸਬਜੀ ਨੂੰ ਲੱਗਦਾ ਹੈ ਜਿਸਤੇ ਕੀਟ ਨਾਸ਼ਕਾਂ ਦਾ ਅਸਰ ਬਹੁਤ ਘੱਟ ਹੋਵੇ। ਉਹਨਾਂ ਦੇ ਕਹਿਣ ਦਾ ਭਾਵ ਇਹ ਹੁੰਦਾ ਹੈ ਕਿ ਜਿਸ ਸਬਜੀ ਨੂੰ ਕੀੜੇ ਖਾ ਸਕਦੇ ਹਨ, ਉਸਨੂੰ ਮਨੁੱਖ ਵੀ ਖਾ ਸਕਦਾ ਹੈ।

ਤਰਾਸਦੀ ਇਹ ਹੈ ਕਿ ਪ੍ਰਸ਼ਾਸ਼ਨ ਨੂੰ ਇਸ ਸਾਰੇ ਕੁੱਝ ਦੀ ਪੂਰੀ ਜਾਣਕਾਰੀ ਹੋਣ ਦੇ ਬਾਵਜੂਦ, ਟੀਕੇ ਲਗਾ ਕੇ ਤਿਆਰ ਕੀਤੀਆਂ ਸਬਜੀਆਂ ਬਾਜਾਰ ਵਿੱਚ ਸ਼ਰੇਆਮ ਵੇਚੀਆਂ ਜਾਂਦੀਆਂ ਹਨ ਪਰੰਤੂ ਖੁਰਾਕ ਸੁਰਖਿਆ ਵਿਭਾਗ (ਜਿਸ ਉੱਪਰ ਅਜਿਹੀਆਂ ਵਸਤਾਂ ਦੀ ਵਿਕਰੀ ਤੇ ਰੋਕ ਲਗਾਉਣ ਦੀ ਜਿੰਮੇਵਾਰੀ ਹੈ) ਵਲੋਂ ਅਜਿਹੀਆਂ ਸਬਜੀਆਂ ਦੀ ਵਿਕਰੀ ਤੇ ਰੋਕ ਲਗਾਉਣ ਲਈ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ਸੰਬੰਧੀ ਲੋਕਾਂ ਵਿੱਚ ਹੁੰਦੀ ਆਮ ਚਰਚਾ ਦੇ ਬਾਵਜੂਦ ਅਜਿਹੇ ਸਬਜੀ ੳਤਪਾਦਕਾਂ ਅਤੇ ਫਲ ਵੇਚਣ ਵਾਲਿਆਂ ਦੇ ਖਿਲਾਫ ਕੋਈ ਕਾਰਵਾਈ ਨਹੀਂ ਹੁੰਦੀ ਅਤੇ ਉਹ ਆਪਣੀਆਂ ਕਾਰਵਾਈਆਂ ਨੂੰ ਸ਼ਰੇਆਮ ਅੰਜਾਮ ਦਿੰਦੇ ਰਹਿੰਦੇ ਹਨ। ਇਹ ਵੀ ਕਿਹਾ ਜਾ ਸਕਦਾ ਹੈ ਕਿ ਸਾਡੇ ਦੇਸ਼ ਦਾ ਸਿਸਟਮ ਹੀ ਕੁੱਝ ਅਜਿਹਾ ਬਣ ਗਿਆ ਹੈ ਕਿ ਇੱਥੇ ਹਰ ਵਿਅਕਤੀ ਨੂੰ ਇਹ ਜਾਣਕਾਰੀ ਹੁੰਦੀ ਹੈ ਕਿ ਕੁੱਝ ਲੋਕਾਂ ਵਲੋਂ ਆਪਣੇ ਨਿੱਜੀ ਫਾਇਦੇ ਲਈ ਹੋਰਨਾਂ ਲੋਕਾਂ ਦੀਆਂ ਜਿੰਦਗੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਪਰੰਤੂ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਅੰਨਾ ਬੋਲਾ ਬਣਿਆ ਰਹਿੰਦਾ ਹੈ ਅਤੇ ਅਜਿਹੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿੰਦੀਆਂ ਹਨ।

ਸਥਾਨਕ ਪ੍ਰਸ਼ਾਸ਼ਨ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਆਮ ਲੋਕਾਂ ਨੂੰ ਫਲਾਂ ਅਤੇ ਸਬਜੀਆਂ ਦੇ ਰੂਪ ਵਿੱਚ ਵੇਚੇ ਜਾ ਰਹੇ ਇਸ ਜਹਿਰ ਦੀ ਵਿਕਰੀ ਤੇ ਕਾਬੂ ਕਰਨ ਲਈ ਸਖਤ ਕਦਮ ਚੁੱਕੇ ਅਤੇ ਬਾਜਾਰ ਵਿੱਚ ਮਸਾਲਿਆਂ, ਕੈਮੀਕਲਾਂ ਨਾਲ ਪਕਾਏ ਹੋਏ ਫਲਾਂ ਅਤੇ ਸਬਜੀਆਂ ਦੀ ਵਿਕਰੀ ਤੇ ਪੂਰੀ ਤਰ੍ਹਾਂ ਰੋਕ ਲਗਾਈ ਜਾਵੇ। ਜਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਚਾਹੀਦਾ ਹੈ ਕਿ ਉਹ ਖੁਦ ਇਸ ਪਾਸੇ ਧਿਆਨ ਦੇਣ ਅਤੇ ਇਸ ਸੰਬੰਧੀ ਜਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਕੇ ਬਣਦੀ ਕਾਰਵਾਈ ਨੂੰ ਯਕੀਨੀ ਬਣਾਉਣ ਤਾਂ ਜੋ ਆਮ ਲੋਕਾਂ ਦੀ ਸਿਹਤ ਨਾਲ ਖਿਲਵਾੜ ਦੀ ਇਸ ਕਾਰਵਾਈ ਤੇ ਮੁਕੰਮਲ ਰੋਕ ਲੱਗੇ।

Continue Reading

Editorial

ਮੁੱਖ ਚੋਣ ਕਮਿਸ਼ਨਰ ਦੀ ਨਿਰਪੱਖਤਾ ਤੇ ਉਠਦੇ ਸਵਾਲ

Published

on

By

ਭਾਰਤ ਦੇ ਮੁੱਖ ਚੋਣ ਕਮਿਸ਼ਨਰ ਬਾਰੇ ਅੱਜ ਕੱਲ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਬਹੁਤ ਕੁਝ ਕਿਹਾ ਜਾ ਰਿਹਾ ਹੈ ਅਤੇ ਦੋਸ਼ ਲਗਾਇਆ ਜਾ ਰਿਹਾ ਹੈ ਕਿ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਮੋਦੀ ਸਰਕਾਰ ਦੇ ਪੱਖ ਵਿੱਚ ਭੁਗਤ ਰਹੇ ਹਨ ਅਤੇ ਲਗਾਤਾਰ ਅਜਿਹੇ ਫੈਸਲੇ ਕਰ ਰਹੇ ਹਨ ਜਿਸ ਨਾਲ ਭਾਜਪਾ ਨੂੰ ਫਾਇਦਾ ਪਹੁੰਚਦਾ ਹੈ।

ਭਾਰਤ ਦੇ ਦੋ ਚੋਣ ਕਮਿਸ਼ਨਰਾਂ ਵੱਲੋਂ ਵੀ ਮੁੱਖ ਚੋਣ ਕਮਿਸ਼ਨਰ ਦੀ ਕਾਰਗੁਜਾਰੀ ਬਾਰੇ ਸਵਾਲ ਉਠਾਏ ਗਏ ਹਨ। ਇਸ ਦੌਰਾਨ ਮੁੱਖ ਚੋਣ ਕਮਿਸ਼ਨਰ ਦਾ ਮਾਮਲਾ ਸੁਪਰੀਮ ਕੋਰਟ ਵੀ ਪਹੁੰਚ ਗਿਆ ਹੈ ਅਤੇ ਸੁਪਰੀਮ ਕੋਰਟ ਨੇ ਵੀ ਕਿਹਾ ਹੈ ਕਿ ਚੋਣ ਕਮਿਸ਼ਨ ਨੇ ਜਿਹੜੇ ਫੈਸਲੇ ਸਰਬਸੰਮਤੀ ਨਾਲ ਨਹੀਂ ਕੀਤੇ, ਉਹ ਫੈਸਲੇ ਰੱਦ ਕੀਤੇ ਜਾਣਗੇ।

ਭਾਰਤ ਵਿੱਚ ਪਿਛਲੇ ਕੁਝ ਸਮੇਂ ਤੋਂ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਅਤੇ ਇੰਡੀਆ ਗਠਜੋੜ ਦੇ ਹੋਰ ਮੁੱਖ ਆਗੂਆਂ ਵੱਲੋਂ ਮੁੱਖ ਚੋਣ ਕਮਿਸ਼ਨਰ ਦੀ ਕਾਰਗੁਜਾਰੀ ਤੇ ਸਵਾਲ ਉਠਾਏ ਜਾ ਰਹੇ ਹਨ। ਰਾਹੁਲ ਗਾਂਧੀ ਅਤੇ ਹੋਰ ਆਗੂ ਤਾਂ ਵਾਰ ਵਾਰ ਦੋਸ਼ ਲਗਾ ਰਹੇ ਹਨ ਕਿ ਚੋਣ ਕਮਿਸ਼ਨ ਵੱਲੋਂ ਵੋਟਾਂ ਦੀ ਸੁਧਾਈ ਦੇ ਬਹਾਨੇ ਲੱਖਾਂ ਵੋਟਰਾਂ ਦੀਆਂ ਵੋਟਾਂ ਕੱਟ ਦਿੱਤੀਆਂ ਗਈਆਂ ਹਨ। ਕਈ ਆਗੂ ਤਾਂ ਇਹ ਵੀ ਦੋਸ਼ ਲਗਾਉਂਦੇ ਹਨ ਕਿ ਚੋਣ ਕਮਿਸ਼ਨ ਵੱਲੋਂ ਜਿਹੜੇ ਲੋਕਾਂ ਦੀਆਂ ਵੋਟਾਂ ਕੱਟੀਆਂ ਗਈਆਂ ਹਨ, ਉਹ ਭਾਜਪਾ ਵਿਰੋਧੀ ਪਾਰਟੀਆਂ ਨੂੰ ਵੋਟਾਂ ਪਾਉਂਦੇ ਸਨ, ਇਸ ਕਾਰਨ ਉਹਨਾਂ ਦੀਆਂ ਵੋਟਾਂ ਹੀ ਕੱਟ ਦਿਤੀਆਂ ਗਈਆਂ ਤਾਂ ਕਿ ਭਾਜਪਾ ਵਿਰੋਧੀ ਪਾਰਟੀਆਂ ਨੂੰ ਘੱਟ ਵੋਟਾਂ ਪੈਣ।

ਵਿਰੋਧੀ ਆਗੂ ਚੋਣ ਕਮਿਸ਼ਨ ਅਤੇ ਮੋਦੀ ਸਰਕਾਰ ਨੂੰ ਵੋਟ ਚੋਰ ਵੀ ਕਹਿ ਰਹੇ ਹਨ। ਇਸ ਤੋਂ ਇਲਾਵਾ ਵੋਟਿੰਗ ਮਸ਼ੀਨਾਂ ਬਾਰੇ ਵੀ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਲਗਾਤਾਰ ਸਵਾਲ ਉਠਾਏ ਜਾਂਦੇ ਰਹੇ ਹਨ ਅਤੇ ਮੰਗ ਕੀਤੀ ਜਾਂਦੀ ਹੈ ਕਿ ਭਾਰਤ ਵਿੱਚ ਚੋਣਾਂ ਵੋਟਿੰਗ ਮਸ਼ੀਨਾਂ ਦੀ ਥਾਂ ਬੈਲਟ ਪੇਪਰਾਂ ਨਾਲ ਕਰਵਾਈਆਂ ਜਾਣ। ਵਿਰੋਧੀ ਆਗੂ ਤਰਕ ਦਿੰਦੇ ਹਨ ਕਿ ਵਿਸ਼ਵ ਦੇ ਵਿਕਸਤ ਦੇਸ਼ਾਂ ਨੇ ਵੀ ਵੋਟਿੰਗ ਮਸ਼ੀਨਾਂ ਨੂੰ ਰੱਦ ਕਰਕੇ ਬੈਲਟ ਪੇਪਰਾਂ ਰਾਹੀਂ ਵੋਟਿੰਗ ਕਰਵਾਉਂਦੇ ਹਨ। ਇਸ ਤਰ੍ਹਾਂ ਦਾ ਸਿਸਟਮ ਭਾਰਤ ਵਿੱਚ ਵੀ ਲਾਗੂ ਕੀਤਾ ਜਾ ਸਕਦਾ ਹੈ।

ਭਾਰਤ ਵਿੱਚ ਕੁਝ ਸਾਲ ਪਹਿਲਾਂ ਵੋਟਾਂ ਬੈਲਟ ਪੇਪਰ ਰਾਹੀਂ ਹੀ ਪੈਂਦੀਆਂ ਸਨ ਪਰ ਬਾਅਦ ਵਿੱਚ ਵੋਟਿੰਗ ਮਸ਼ੀਨਾਂ ਰਾਹੀਂ ਵੋਟਾਂ ਪਵਾਈਆਂ ਜਾਣ ਲੱਗੀਆਂ। ਅਕਸਰ ਵੋਟਿੰਗ ਮਸ਼ੀਨਾਂ ਦੀ ਕਾਰਗੁਜਾਰੀ ਤੇ ਸਵਾਲ ਉਠਾਏ ਜਾਂਦੇ ਹਨ। ਹੁਣ ਤਾਂ ਚੋਣ ਕਮਿਸ਼ਨ ਤੇ ਵੋਟ ਚੋਰੀ ਅਤੇ ਵਿਰੋਧੀ ਪਾਰਟੀਆਂ ਦੇ ਸਮਰਥਕ ਵੋਟਰਾਂ ਦੀਆਂ ਵੋਟਾਂ ਕੱਟਣ ਦਾ ਵੱਡਾ ਇਲਜ਼ਾਮ ਲਾਇਆ ਜਾ ਰਿਹਾ ਹੈ। ਜਿਸ ਨੂੰ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ।

ਲੋਕਤੰਤਰ ਵਿੱਚ ਵੋਟਾਂ ਦਾ ਕੰਮ ਸਹੀ ਤਰੀਕੇ ਨਾਲ ਕਰਵਾਉਣ ਲਈ ਚੋਣ ਕਮਿਸ਼ਨ ਦਾ ਨਿਰਪੱਖ ਹੋਣਾ ਬਹੁਤ ਜ਼ਰੂਰੀ ਹੈ। ਜੇ ਚੋਣ ਕਮਿਸ਼ਨ ਹੀ ਸਰਕਾਰ ਦੇ ਪੱਖ ਵਿੱਚ ਭੁਗਤੇਗਾ ਤਾਂ ਨਿਰਪੱਖ ਚੋਣਾਂ ਹੋਣ ਦੀ ਆਸ ਮੱਧਮ ਹੋਵੇਗੀ। ਹਰ ਪਾਰਟੀ ਲਗਾਤਾਰ ਸੱਤਾ ਵਿੱਚ ਰਹਿਣ ਲਈ ਚੋਣ ਕਮਿਸ਼ਨ ਨੂੰ ਆਪਣੇ ਪੱਖ ਵਿੱਚ ਕਰਨ ਦਾ ਯਤਨ ਕਰਦੀ ਹੈ ਪਰ ਵਿਰੋਧੀ ਆਗੂ ਕਹਿ ਰਹੇ ਹਨ ਕਿ ਭਾਜਪਾ ਵੱਲੋਂ ਚੋਣ ਕਮਿਸ਼ਨ ਨੂੰ ਆਪਣਾ ਮੋਹਰਾ ਬਣਾ ਕੇ ਲਗਾਤਾਰ ਸੱਤਾ ਪ੍ਰਾਪਤ ਕੀਤੀ ਜਾ ਰਹੀ ਹੈ।

ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਅਕਸਰ ਦੋਸ਼ ਲਗਾਉਂਦੀ ਹੈ ਕਿ ਵੋਟਾਂ ਦੀ ਸੁਧਾਈ ਦੇ ਬਹਾਨੇ ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਹਨਾਂ ਦੀ ਪਾਰਟੀ ਦੇ ਲੱਖਾਂ ਵੋਟਰਾਂ ਦੀਆਂ ਵੋਟਾਂ ਹੀ ਕੱਟ ਦਿੱਤੀਆਂ ਗਈਆਂ, ਜਿਸ ਕਾਰਨ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਜੇਤੂ ਹੋ ਕੇ ਸਰਕਾਰ ਬਣਾਉਣ ਵਿੱਚ ਕਾਮਯਾਬ ਹੋ ਗਈ। ਮਮਤਾ ਬੈਨਰਜੀ ਨੇ ਵੀ ਬਹੁਤ ਵਾਰ ਭਾਰਤ ਦੇ ਚੋਣ ਕਮਿਸ਼ਨ ਦੀ ਕਾਰਗੁਜਾਰੀ ਤੇ ਵੱਡੇ ਸਵਾਲ ਉਠਾਏ ਹਨ।

ਚਾਹੀਦਾ ਤਾਂ ਇਹ ਹੈ ਕਿ ਭਾਰਤ ਦੇ ਚੋਣ ਕਮਿਸ਼ਨ ਦੀ ਕਾਰਗੁਜਾਰੀ ਵਿੱਚ ਸੁਧਾਰ ਲਿਆਂਦਾ ਜਾਵੇ ਤੇ ਚੋਣ ਕਮਿਸ਼ਨ ਨਿਰਪੱਖ ਤਰੀਕੇ ਨਾਲ ਹਰ ਤਰ੍ਹਾਂ ਦੀਆਂ ਚੋਣਾਂ ਕਰਵਾਏ। ਲੋਕਤੰਤਰ ਨੂੰ ਕਾਇਮ ਰੱਖਣ ਲਈ ਭਾਰਤ ਦੇ ਚੋਣ ਕਮਿਸ਼ਨ ਦਾ ਨਿਰਪੱਖ ਹੋਣਾ ਬਹੁਤ ਜ਼ਰੂਰੀ ਹੈ।

ਬਿਊਰੋ

Continue Reading

Editorial

ਕਿਹੜੇ ਪਾਸੇ ਤੁਰ ਪਿਆ ਸਮਾਜ?

Published

on

By

ਪਿਛਲੇ ਦਿਨੀਂ ਬਰਨਾਲਾ ਸ਼ਹਿਰ ਵਿਖੇ ਪ੍ਰਸਿੱਧ ਗਾਇਕ ‘ਬੱਬੂ ਮਾਨ’ ਦੇ ਸ਼ੋਅ ਮੌਕੇ ਇਕੱਤਰ ਹੋਈ ਭੀੜ ਏਨੀ ਜਿਆਦਾ ਉਤੇਜਿਤ ਹੋ ਗਈ ਸੀ ਕਿ ਹਾਲਾਤ ਤੇ ਕਾਬੂ ਕਰਨ ਲਈ ਪੁਲੀਸ ਨੂੰ ਲਾਠੀਚਾਰਜ ਕਰਨਾ ਪਿਆ ਸੀ ਅਤੇ ਪੁਲੀਸ ਤੇ ਪ੍ਰਸ਼ਾਸਨ ਨੇ ਬਹੁਤ ਮੁਸ਼ਕਿਲ ਨਾਲ ਸਥਿਤੀ ਤੇ ਕਾਬੂ ਪਾਇਆ ਸੀ।

ਇਸ ਦੌਰਾਨ ਨੌਜਵਾਨਾਂ ਵਿੱਚ ਹੁੰਦੇ ਆਪਸੀ ਝਗੜਿਆਂ ਦੀਆਂ ਘਟਨਾਵਾਂ ਵੀ ਲਗਾਤਾਰ ਵੱਧ ਰਹੀਆਂ ਹਨ ਅਤੇ ਇਹਨਾਂ ਝਗੜਿਆਂ ਦੌਰਾਨ ਅਕਸਰ ਨੌਜਵਾਨ ਜਖਮੀ ਵੀ ਹੁੰਦੇ ਹਨ। ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਵਸੇ ਪਿੰਡਾਂ ਵਿਦਿਆ ਨਗਰ, ਪ੍ਰੋਫ਼ੈਸਰ ਕਾਲੋਨੀ ਅਤੇ ਕਰਹੇੜੀ ਵਿੱਚ ਨੌਜਵਾਨਾਂ ਦੇ ਆਪਸੀ ਝਗੜੇ ਦੀਆਂ ਘਟਨਾਵਾਂ ਆਮ ਦਿਨ ਵਾਪਰਦੀਆਂ ਹਨ ਅਤੇ ਇਹਨਾਂ ਝਗੜਿਆਂ ਵਿੱਚ ਅਕਸਰ ਨੌਜਵਾਨਾਂ ਵੱਲੋਂ ਕ੍ਰਿਪਾਨਾਂ, ਕਿਰਚਾਂ ਅਤੇ ਚਾਕੂਆਂ ਦੀ ਵਰਤੋ ਕੀਤੀ ਜਾਂਦੀ ਹੈ। ਝਗੜਾ ਕਰਨ ਵਾਲੇ ਇਹ ਹਥਿਆਰਬੰਦ ਨੌਜਵਾਨ ਪੁਲੀਸ ਦੇ ਮੌਕੇ ਤੇ ਪਹੁੰਚਣ ਤੋਂ ਪਹਿਲਾਂ ਹੀ ਗਾਇਬ ਹੋ ਜਾਂਦੇ ਹਨ ਅਤੇ ਇਹਨਾਂ ਤੋਂ ਡਰਦਾ ਕੋਈ ਵੀ ਵਿਅਕਤੀ ਪੁਲੀਸ ਕੋਲ ਇਹਨਾਂ ਬਾਰੇ ਕੋਈ ਬਿਆਨ ਨਹੀਂ ਦਿੰਦਾ।

ਇਹਨਾਂ ਨੌਜਵਾਨਾਂ ਵਿੱਚ ਵੱਡੀ ਗਿਣਤੀ ਯੂਨੀਵਰਸਿਟੀ ਜਾਂ ਕਿਸੇ ਕਾਲਜ ਦੇ ਵਿਦਿਆਰਥੀ ਵੀ ਹੁੰਦੇ ਹਨ ਜੋ ਕਿ ਆਪਣਾ ਧਿਆਨ ਪੜਾਈ ਵਿੱਚ ਲਗਾਉਣ ਦੀ ਥਾਂ ਮਟਰਗਸ਼ਤੀ ਅਤੇ ਬਦਮਾਸ਼ੀ ਵਿੱਚ ਵਧੇਰੇ ਲਗਾਉਂਦੇ ਹਨ। ਕੁਝ ਸਮਾਂ ਪਹਿਲਾਂ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਵਾਲੇ ਇਲਾਕੇ ਵਿੱਚ ਇੱਕ ਵਿਦਿਆਰਥੀ ਦਾ ਕਤਲ ਵੀ ਕਰ ਦਿੱਤਾ ਗਿਆ ਸੀ, ਜਿਸ ਤੋਂ ਪਤਾ ਚਲਦਾ ਹੈ ਕਿ ਇਸ ਇਲਾਕੇ ਵਿੱਚ ਹਾਲਾਤ ਕਿੰਨੇ ਚਿੰਤਾਜਨਕ ਹਨ।

ਅਕਸਰ ਹੀ ਵੱਖ ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਵੀ ਵਿਦਿਆਰਥੀਆਂ ਦੇ ਵੱਖ ਵੱਖ ਧੜਿਆਂ ਵਿੱਚ ਲੜਾਈਆਂ ਤੇ ਝੜੱਪਾਂ ਹੁੰਦੀਆਂ ਰਹਿੰਦੀਆਂ ਹਨ। ਇਹਨਾਂ ਝੜੱਪਾਂ ਵਿੱਚ ਅਕਸਰ ਕ੍ਰਿਪਾਨਾਂ, ਕਿਰਚਾਂ ਅਤੇ ਚਾਕੂਆਂ ਦੀ ਸ਼ਰੇਆਮ ਵਰਤੋ ਕੀਤੀ ਜਾਂਦੀ ਹੈ। ਕਈ ਵਾਰ ਤਾਂ ਕੁਝ ਵਿਦਿਆਰਥੀ ਪਿਸਤੋਲ ਤੇ ਰਿਵਾਲਵਰ ਨਾਲ ਵੀ ਫਾਇਰ ਕਰ ਦਿੰਦੇ ਹਨ, ਜਿਸ ਨਾਲ ਦਹਿਸ਼ਤ ਫੈਲ ਜਾਂਦੀ ਹੈ। ਵੱਖ ਵੱਖ ਸੜਕਾਂ ਤੇ ਜਾਂਦੇ ਵਾਹਨ ਜੇ ਆਪਸ ਵਿੱਚ ਖਹਿ ਜਾਣ ਤਾਂ ਵਾਹਨ ਸਵਾਰਾਂ ਦੀ ਅਕਸਰ ਆਪਸ ਵਿੱਚ ਲੜਾਈ ਹੋ ਜਾਂਦੀ ਹੈ ਅਤੇ ਦੋਵੇਂ ਇੱਕ ਦੂਜੇ ਦਾ ਕਤਲ ਤੱਕ ਕਰਨ ਤੱਕ ਜਾਂਦੇ ਹਨ।

ਅਜਿਹਾ ਕੁਝ ਵੇਖ ਕੇ ਵੱਖ ਵੱਖ ਬੁੱਧੀਜੀਵੀ ਸਵਾਲ ਕਰਦੇ ਹਨ ਕਿ ਸਮਾਜ ਹੁਣ ਕਿਹੜੇ ਪਾਸੇ ਤੁਰ ਪਿਆ ਹੈ? ਆਮ ਲੋਕਾਂ ਵਿੱਚ ਸ਼ਹਿਣਸ਼ਕਤੀ ਦੀ ਘਾਟ ਹੋ ਗਈ ਹੈ। ਕੁਝ ਵਿਦਵਾਨ ਕਹਿੰਦੇ ਹਨ ਕਿ ਪੰਜਾਬ ਵਿੱਚ ਨਸ਼ਾ ਪ੍ਰਚਲਿਤ ਹੋਣ ਕਾਰਨ ਅਕਸਰ ਨਸ਼ੇੜੀ ਲੋਕ ਆਪਸ ਵਿੱਚ ਲੜ ਪੈਂਦੇ ਹਨ ਪਰ ਕਈ ਵਾਰ ਤਾਂ ਪੜੇ ਲਿਖੇ ਅਤੇ ਸਿਆਣੇ ਸਮਝੇ ਜਾਂਦੇ ਲੋਕਾਂ ਨੂੰ ਵੀ ਆਪਸ ਵਿੱਚ ਲੜਾਈ ਝਗੜੇ ਕਰਦਿਆਂ ਵੇਖਿਆ ਜਾਂਦਾ ਹੈ। ਕਈ ਵਾਰ ਤਾਂ ਗਲੀਆਂ ਵਿੱਚ ਖੇਡ ਰਹੇ ਬੱਚਿਆਂ ਦੀ ਮਾਮੂਲੀ ਲੜਾਈ ਉਹਨਾਂ ਦੇ ਮਾਪਿਆਂ ਲਈ ਸਿਰ ਪਾੜਨ ਤੇ ਲੱਤਾਂ ਬਾਹਾਂ ਤੋੜਨ ਵਾਲੀ ਲੜਾਈ ਤੱਕ ਪਹੁੰਚ ਜਾਂਦੀ ਹੈ।

ਸਮਾਜ ਦੇ ਮੋਹਰੀ ਆਗੂਆਂ ਅਤੇ ਵੱਖ ਵੱਖ ਸੰਤਾਂ ਮਹਾਂਪੁਰਸ਼ਾਂ ਨੂੰ ਚਾਹੀਦਾ ਹੈ ਕਿ ਉਹ ਆਮ ਲੋਕਾਂ ਨੂੰ ਸਹਿਣਸ਼ੀਲ ਰਹਿਣ ਦਾ ਉਪਦੇਸ਼ ਦੇਣ ਅਤੇ ਹਰ ਇੱਕ ਵਿਅਕਤੀ ਨੂੰ ਸ਼ਾਂਤੀ ਰੱਖਣ ਦਾ ਪ੍ਰਵਚਨ ਦਿੱਤਾ ਜਾਵੇ ਤਾਂ ਕਿ ਸਮਾਜ ਨੂੰ ਸਹੀ ਦਿਸ਼ਾ ਵਿੱਚ ਅੱਗੇ ਲਿਆਂਦਾ ਜਾ ਸਕੇ।

ਬਿਊਰੋ

Continue Reading

Latest News

Trending