Chandigarh
ਸਬੂਤ ਪੇਸ਼ ਕਰਨ ਦੀ ਬਜਾਏ ਚਿੱਠੀਆਂ ਲੀਕ ਕਰਕੇ ਅਤੇ ਮੀਡੀਆ ਰਿਪੋਰਟਾਂ ਰਾਹੀਂ ਆਪ ਲੀਡਰਸ਼ਿਪ ਨੂੰ ਬਦਨਾਮ ਕਰ ਰਹੀ ਹੈ ਈਡੀ : ਅਮਨ ਅਰੋੜਾ
ਚੰਡੀਗੜ੍ਹ, 2 ਸਤੰਬਰ (ਸ.ਬ.) ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇਲਜਾਮ ਲਗਾਅਿਾ ਹੈ ਕਿ ਈ ਡੀ (ਐਨਫੋਰਸਮੈਂਟ ਡਾਇਰੈਕਟੋਰੇਟ) ਵਲੋਂ ਕੇਂਦਰਸਰਕਾਰ ਦੇ ਇਸ਼ਾਰੇ ਤੇ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਕੇਂਦਰੀ ਜਾਂਚ ਏਜੰਸੀ ਠੋਸ ਸਬੂਤ ਪੇਸ਼ ਕਰਨ ਦੀ ਬਜਾਏ ਵਾਰ-ਵਾਰ ਚਿੱਠੀਆਂ, ਮੀਡੀਆ ਲੀਕ ਅਤੇ ਅਸਪੱਸ਼ਟ ਦੋਸ਼ਾਂ ਰਾਹੀਂ ‘ਆਪ’ ਲੀਡਰਸ਼ਿਪ ਨੂੰ ਬਦਨਾਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਪਹਿਲਾਂ ਹੀ ਏਜੰਸੀ ਤੋਂ ਪੂਰੇ ਦਸਤਾਵੇਜ਼ ਅਤੇ ਇਲੈਕਟ੍ਰੋਨਿਕ ਡਾਟਾ ਮੰਗ ਚੁੱਕੀ ਹੈ, ਪਰ ਈਡੀ ਸਪੱਸ਼ਟ ਅਤੇ ਵਰਤੋਂ ਯੋਗ ਸਬੂਤ ਦੇਣ ਵਿੱਚ ਅਸਫਲ ਰਹੀ ਹੈ।
ਉਹਨਾਂ ਇਲਜਾਮ ਲਗਾਇਆ ਕਿ ਭਾਜਪਾ ਦਾ ਮਕਸਦ ਅਰਾਜਕਤਾ ਪੈਦਾ ਕਰਨਾ, ਸਿਆਸੀ ਲੀਡਰਸ਼ਿਪ ਨੂੰ ਡਰਾਉਣਾ ਅਤੇ ਸਰਕਾਰੀ ਅਧਿਕਾਰੀਆਂ ਨੂੰ ਦਬਾਅ ਹੇਠ ਰੱਖਣਾ ਹੈ ਤਾਂ ਜੋ ਚੁਣੀ ਹੋਈ ਪੰਜਾਬ ਸਰਕਾਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਨਾ ਕਰ ਸਕੇ।
ਉਹਨਾਂ ਕਿਹਾ ਕਿ ਈਡੀ ਤੇ ਸੀ ਬੀ ਆਈ ਇਸੇ ਵੇਲੇ ‘ਭਾਜਪਾ ਦੇ ਤੋਤੇ’ ਬਣ ਚੁੱਕੀਆਂ ਹਨ। ਉਹਨਾਂ ਕਿਹਾ ਕਿ ਈ ਡੀ ਵੱਲੋਂ ਪੰਜਾਬ ਦੇ ਡੀਜੀਪੀ ਨੂੰ ਭੇਜੀਆਂ ਗਈਆਂ ਵਾਰ-ਵਾਰ ਚਿੱਠੀਆਂ, ਜਿਸ ਵਿੱਚ ਧਾਰਾ 66(2) ਤਹਿਤ ਐਫਆਈਆਰ ਦਰਜ ਕਰਨ ਦੀ ਮੰਗ ਕਰਨ ਵਾਲੀ ਤਾਜ਼ਾ ਚਿੱਠੀ ਵੀ ਸ਼ਾਮਲ ਹੈ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਬੁਖਲਾਹਟ ਅਤੇ ਨਿਰਾਸ਼ਾ ਨੂੰ ਦਰਸਾਉਂਦੀ ਹੈ।
ਉਹਨਾਂ ਕਿਹਾ ਕਿ ਪੰਜਾਬ ਪੁਲੀਸ ਨੇ ਦੋਸ਼ਾਂ ਦੇ ਸਮਰਥਨ ਵਿੱਚ ਪੂਰੇ ਦਸਤਾਵੇਜ਼ੀ ਅਤੇ ਇਲੈਕਟ੍ਰੋਨਿਕ ਸਬੂਤ ਮੰਗਣ ਲਈ 28 ਅਗਸਤ ਨੂੰ ਹੀ ਈਡੀ ਨੂੰ ਪੱਤਰ ਲਿਖਿਆ ਸੀ। ਪੰਜਾਬ ਪੁਲੀਸ ਨੇ ਈਡੀ ਨੂੰ ਸਪੱਸ਼ਟ ਤੌਰ ਤੇ ਕਿਹਾ ਹੈ ਕਿ ਹੁਣ ਤੱਕ ਮੁਹੱਈਆ ਕਰਵਾਈ ਗਈ ਸਮੱਗਰੀ ਅਸਪੱਸ਼ਟ ਹੈ ਅਤੇ ਛਾਪੇਮਾਰੀ ਦੌਰਾਨ ਜ਼ਬਤ ਕੀਤੇ ਗਏ ਪੂਰੇ ਸਬੂਤ, ਦਸਤਾਵੇਜ਼ ਅਤੇ ਇਲੈਕਟ੍ਰੋਨਿਕ ਡਾਟਾ ਦਿੱਤਾ ਜਾਵੇ ਤਾਂ ਜੋ ਯੋਗ ਜਾਂਚ ਕੀਤੀ ਜਾ ਸਕੇ। ਈਡੀ ਨੂੰ 1 ਸਤੰਬਰ ਨੂੰ ਸਬੰਧਤ ਸਮੱਗਰੀ ਸਮੇਤ ਇੱਕ ਅਧਿਕਾਰੀ ਭੇਜਣ ਲਈ ਕਿਹਾ ਗਿਆ ਸੀ, ਪਰ ਕੋਈ ਅਧਿਕਾਰੀ ਪੇਸ਼ ਨਹੀਂ ਹੋਇਆ।
ਅਮਨ ਅਰੋੜਾ ਨੇ ਕਿਹਾ ਕਿ ਈ ਡੀ ਬਿਨਾਂ ਕੋਈ ਗੜਬੜੀ ਸਾਬਤ ਕੀਤੇ ਮੀਡੀਆ ਵਿੱਚ ਸੰਜੀਵ ਅਰੋੜਾ, ਲਾਲ ਚੰਦ ਕਟਾਰੂਚੱਕ ਅਤੇ ਉਨ੍ਹਾਂ ਸਮੇਤ ‘ਆਪ’ ਆਗੂਆਂ ਦੇ ਨਾਂ ਜਾਣਬੁੱਝ ਕੇ ਉਛਾਲ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪੁਰਾਣੇ ਦੋਸਤ ਗੌਰਵ ਧੀਰ ਰਾਹੀਂ ਉਨ੍ਹਾਂ ਤੱਕ ਪਹੁੰਚਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਕੇਸ ਦੇ ਤੱਥ ਪੇਸ਼ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਐਲਟਸ ਪ੍ਰੋਜੈਕਟ ਨਾਲ ਸਬੰਧਤ ਚੇਂਜ ਆਫ਼ ਲੈਂਡ ਯੂਜ਼ (ਸੀਐਲਯੂ) ਦੀਆਂ ਮਨਜ਼ੂਰੀਆਂ ਛੇ ਵਾਰ ਦਿੱਤੀਆਂ ਗਈਆਂ ਸਨ, ਪਰ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਇੱਕ ਵੀ ਸੀਐਲਯੂ ਨਹੀਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ 17 ਨਵੰਬਰ 2000, 14 ਮਈ 2012, 25 ਜੂਨ 2013, 17 ਫਰਵਰੀ 2018, 7 ਮਾਰਚ 2018 ਅਤੇ 7 ਮਾਰਚ 2022 ਦੀਆਂ ਮਨਜ਼ੂਰੀਆਂ ਪਿਛਲੀਆਂ ਕਾਂਗਰਸ ਜਾਂ ਅਕਾਲੀ-ਭਾਜਪਾ ਸਰਕਾਰਾਂ ਦੇ ਸਮੇਂ ਦਿੱਤੀਆਂ ਗਈਆਂ ਸਨ।
ਮੰਤਰੀ ਨੇ ਕਿਹਾ ਕਿ ਲੇਆਉਟ ਪਲਾਨ 2011 ਅਤੇ 2025 ਦੇ ਵਿਚਕਾਰ ਕਈ ਵਾਰ ਬਦਲੇ ਗਏ ਸਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਬਦਲਾਅ ਪਿਛਲੀਆਂ ਸਰਕਾਰਾਂ ਵੇਲੇ ਹੋਏ ਸਨ। ਉਹਨਾਂ ਕਿਹਾ ਕਿ ਜੇਕਰ ਈ.ਡੀ. ਮੰਨਦੀ ਹੈ ਕਿ ਇਹ ਮਨਜ਼ੂਰੀਆਂ ਅਤੇ ਬਦਲਾਅ ਗੈਰ-ਕਾਨੂੰਨੀ ਸਨ, ਤਾਂ ਉਸ ਨੂੰ ਪੂਰੇ ਘਟਨਾਕ੍ਰਮ ਦੀ ਜਾਂਚ ਕਰਨੀ ਚਾਹੀਦੀ ਹੈ, ਨਾ ਕਿ ਸਿਰਫ਼ ‘ਆਪ’ ਸਰਕਾਰ ਨੂੰ ਨਿਸ਼ਾਨਾ ਬਣਾਉਣਾ ਚਾਹੀਦਾ ਹੈ।
ਅਮਨ ਅਰੋੜਾ ਨੇ ਡਿਵੈਲਪਰਾਂ ਲਈ 25 ਫੀਸਦੀ ਜ਼ਮੀਨ ਦੀ ਮਲਕੀਅਤ ਵਾਲੀ ਨੀਤੀ ਤੇ ਈਡੀ ਦੇ ਧਿਆਨ ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਇਹ ਨੀਤੀ 2012 ਦੀ ਅਕਾਲੀ-ਭਾਜਪਾ ਸਰਕਾਰ ਵੇਲੇ ਸ਼ੁਰੂ ਹੋਈ ਸੀ ਅਤੇ 2025 ਵਿੱਚ ‘ਆਪ’ ਸਰਕਾਰ ਨੇ ਇਸ ਵਿੱਚ ਸੁਧਾਰ ਕੀਤਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਆਪ ਸਰਕਾਰ ਨੇ ਨੀਤੀ ਵਿੱਚ ਬਦਲਾਅ ਕਰਕੇ ਲਾਇਸੈਂਸ ਅਤੇ ਸੀਐਲਯੂ ਪ੍ਰਾਪਤ ਕਰਨ ਲਈ ਡਿਵੈਲਪਰਾਂ ਕੋਲ 100 ਫੀਸਦੀ ਜ਼ਮੀਨ ਦੀ ਮਲਕੀਅਤ ਹੋਣਾ ਲਾਜ਼ਮੀ ਕੀਤਾ, ਜਿਸ ਨਾਲ ਪਹਿਲਾਂ ਦੀ ਖਾਮੀਆਂ ਭਰੀ ਨੀਤੀ ਨੂੰ ਠੀਕ ਕੀਤਾ ਗਿਆ। ਕੇਸ ਨਾਲ ਸਬੰਧਤ ਐਫ ਆਈ ਆਰ ਤੇ ਈ. ਡੀ. ਦੇ ਨਿਰਭਰ ਹੋਣ ਤੇ ਸਵਾਲ ਚੁੱਕਦਿਆਂ ਉਹਨਾਂ ਕਿਹਾ ਕਿ ਸਬੰਧਤ ਐਫ ਆਈ ਆਰ ਨੂੰ ਹਾਈ ਕੋਰਟ ਪਹਿਲਾਂ ਹੀ ਰੱਦ ਕਰ ਚੁੱਕੀ ਹੈ ਅਤੇ ਜੇਕਰ ਐਫਆਈਆਰ ਹੀ ਰੱਦ ਹੋ ਚੁੱਕੀ ਹੈ, ਤਾਂ ਈ ਸੀ ਆਈ ਆਰ ਦਾ ਕੀ ਆਧਾਰ ਰਹਿ ਜਾਂਦਾ ਹੈ?
ਅਮਨ ਅਰੋੜਾ ਨੇ ਕਿਹਾ ਕਿ ਈਡੀ ਨੂੰ ਮੌਜੂਦਾ ਸਰਕਾਰ ਨੂੰ ਚੋਣਵੇਂ ਢੰਗ ਨਾਲ ਨਿਸ਼ਾਨਾ ਬਣਾਉਣ ਦੀ ਬਜਾਏ ਉਸ ਪੂਰੇ ਸਮੇਂ ਦੀ ਜਾਂਚ ਕਰਨੀ ਚਾਹੀਦੀ ਹੈ ਜਿਸ ਦੌਰਾਨ ਇਹ ਮਨਜ਼ੂਰੀਆਂ ਅਤੇ ਨੀਤੀਗਤ ਫੈਸਲੇ ਲਏ ਗਏ ਸਨ। ਉਨ੍ਹਾਂ ਪੰਜਾਬ ਦੇ ਪੁਰਾਣੇ ਮੁੱਖ ਮੰਤਰੀਆਂ ਅਤੇ ਮੰਤਰੀਆਂ ਸੁਖਬੀਰ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਸਰਕਾਰੀਆ ਦੇ ਨਾਂ ਲੈਂਦਿਆਂ ਕਿਹਾ ਕਿ ਜੇਕਰ ਤੁਹਾਡੀ ਜਾਂਚ ਸੱਚੀ ਹੈ, ਤਾਂ ਸਭ ਦੀ ਜਾਂਚ ਕਰੋ। 2012 ਤੋਂ ਬਾਅਦ ਜਿੰਨੇ ਵੀ ਜ਼ਿੰਮੇਵਾਰ ਰਹੇ ਹਨ, ਸਾਰਿਆਂ ਨੂੰ ਬੁਲਾਓ, ਤਦ ਹੀ ਸੱਚ ਸਾਹਮਣੇ ਆਵੇਗਾ।
ਉਹਨਾਂ ਕਿਹਾ ਕਿ ਜੇਕਰ ਈਡੀ ਕੋਲ ਠੋਸ ਸਬੂਤ ਹਨ, ਤਾਂ ਉਹ ਮੰਗ ਮੁਤਾਬਕ ਪੰਜਾਬ ਪੁਲੀਸ ਨੂੰ ਸੌਂਪੇ ਅਤੇ ਕਾਨੂੰਨ ਨੂੰ ਆਪਣਾ ਕੰਮ ਕਰਨ ਦੇਵੇ। ਉਨ੍ਹਾਂ ਕਿਹਾ ਕਿ ਜੇਕਰ ਸਬੂਤ ਹਨ, ਤਾਂ ਪੇਸ਼ ਕਰੋ। ਜਾਂਚ ਨੂੰ ਠੀਕ ਢੰਗ ਨਾਲ ਹੋਣ ਦਿਓ। ਪਰ ਚੋਣਵੇਂ ਨੋਟਿਸਾਂ ਅਤੇ ਅਖਬਾਰਾਂ ਦੀਆਂ ਸੁਰਖੀਆਂ ਦੀ ਇਹ ਰਾਜਨੀਤੀ ਨਹੀਂ ਚੱਲੇਗੀ।
Chandigarh
ਪੰਜਾਬ ਵਿੱਚ ਚੋਣ ਜਾਬਤਾ ਲਾਗੂ ਕੀਤਾ ਜਾਵੇ : ਸੁਨੀਲ ਜਾਖੜ
ਰਾਜਪਾਲ ਨੂੰ ਲਿਖਿਆ ਪੱਤਰ, ਸਰਕਾਰ ਨੇ ਮੰਨਿਆ ਪੰਜਾਬ ਵਿੱਚ ਵਿਗੜ ਚੁੱਕੀ ਹੈ ਕਾਨੂੰਨ ਵਿਵਸਥਾ
ਚੰਡੀਗੜ੍ਹ, 29 ਅਕਤੂਬਰ (ਸ.ਬ.) ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਚੋਣ ਕਮਿਸ਼ਨ ਕੋਲ ਸਿਫ਼ਾਰਸ਼ ਕਰਕੇ ਪੰਜਾਬ ਵਿੱਚ ਚੋਣ ਜਾਬਤਾ ਲਾਗੂ ਕੀਤਾ ਜਾਵੇ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਖ਼ੁਦ ਮੰਨਿਆ ਹੈ ਕਿ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਵਿਗੜ ਚੁੱਕੀ ਹੈ ਇਸ ਲਈ ਸੂਬੇ ਵਿੱਚ ਜਲਦ ਤੋਂ ਜਲਦ ਮਾਡਲ ਚੋਣ ਜ਼ਾਬਤਾ ਲਾਗੂ ਕੀਤਾ ਜਾਵੇ।
ਉਨ੍ਹਾਂ ਦੋਸ਼ ਲਾਇਆ ਕਿ ਜੇਲ੍ਹਾਂ ਤੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਚਲਾਈ ਜਾ ਰਹੀ ਹੈ ਅਤੇ ਤਸਕਰਾਂ ਤੇ ਕਾਤਲਾਂ ਨੂੰ ਪੈਰੋਲ ਤੇ ਰਿਹਾਅ ਕਰਕੇ ਵਿਦੇਸ਼ ਭੱਜਣ ਵਿੱਚ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦਾਅਵਾ ਕੀਤਾ ਕਿ ਔਰਤਾਂ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਨੂੰ ਦਬਾਉਣ ਲਈ ਕਰੋੜਾਂ ਰੁਪਏ ਦੇ ਲੈਣ-ਦੇਣ ਕੀਤੇ ਜਾ ਰਹੇ ਹਨ, ਅਤੇ ਦੋਸ਼ੀਆਂ ਨੂੰ ਦੇਸ਼ ਛੱਡਣ ਵਿੱਚ ਮਦਦ ਕੀਤੀ ਜਾ ਰਹੀ ਹੈ।
ਉਹਨਾਂ ਲਿਖਿਆ ਹੈ ਕਿ ਸੂਬੇ ਵਿੱਚ ਕੋਈ ਵੀ ਸੁਰੱਖਿਅਤ ਨਹੀਂ ਹੈ ਅਤੇ ਨਸ਼ਿਆਂ ਖ਼ਿਲਾਫ਼ ਉੱਠਣ ਵਾਲੀਆਂ ਆਵਾਜ਼ਾਂ ਨੂੰ ਗੋਲੀਆਂ ਨਾਲ ਦਬਾਇਆ ਜਾ ਰਹਾ ਹੈ।
ਰਾਜਪਾਲ ਨੂੰ ਲਿਖੇ ਪੱਤਰ ਵਿੱਚ ਜਾਖੜ ਨੇ ਪ੍ਰਸ਼ਾਸਨ ਵੱਲੋਂ ਅਬੋਹਰ ਵਿੱਚ ਸਾਲਾਨਾ ਐਂਟੀ-ਡਰੱਗ (ਨਸ਼ਾ ਵਿਰੋਧੀ) ਮੈਰਾਥਨ ਦੀ ਇਜਾਜ਼ਤ ਦੇਣ ਤੋਂ ਕੀਤੇ ਇਨਕਾਰ ਦਾ ਜ਼ਿਕਰ ਕਰਦਿਆਂ ਕਿਹਾ ਹੈ ਕਿ ਲਿਖਤੀ ਇਨਕਾਰ ਵਿੱਚ ਅਨੁਕੂਲ ਮਾਹੌਲ ਨਾ ਹੋਣ ਅਤੇ ਕਾਨੂੰਨ ਤੇ ਵਿਵਸਥਾ ਦੀ ਮਾੜੀ ਸਥਿਤੀ ਦਾ ਹਵਾਲਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਇਹ ਮੈਰਾਥਨ ਅਬੋਹਰ ਵਿੱਚ ਕਈ ਸਾਲਾਂ ਤੋਂ ਜਾਰੀ ਹੈ ਅਤੇ ਇਸ ਵਿੱਚ ਹਜ਼ਾਰਾਂ ਨੌਜਵਾਨ ਹਿੱਸਾ ਲੈਂਦੇ ਹਨ। ਜਾਖੜ ਨੇ ਆਪਣੀ ਬੇਨਤੀ ਨਾਲ ਪ੍ਰਸ਼ਾਸਨ ਦੇ ਪੱਤਰ ਦੀ ਕਾਪੀ ਵੀ ਨੱਥੀ ਕੀਤੀ ਹੈ। ਉਹਨਾਂ ਕਿਹਾ ਕਿ ਹਾਲਾਂਕਿ ਉਹ ਇਸ ਸਰਕਾਰ ਅਤੇ ਇਸ ਦੀਆਂ ਨੀਤੀਆਂ ਦਾ ਵਿਰੋਧ ਕਰਦੇ ਹਨ, ਪਰ ਮੈਂ ਪਹਿਲੀ ਵਾਰ ਸਰਕਾਰ ਵੱਲੋਂ ਕਬੂਲ ਕੀਤੀ ਗਈ ਇਸ ਕੋੜੀ ਸੱਚਾਈ ਨਾਲ ਸਹਿਮਤ ਹਾਂ।
ਉਨ੍ਹਾਂ ਅੰਮ੍ਰਿਤਸਰ, ਤਰਨ ਤਾਰਨ, ਖੇਮਕਰਨ, ਗੁਰਦਾਸਪੁਰ, ਹਰਗੋਬਿੰਦਪੁਰ, ਮਾਨਸਾ, ਅਬੋਹਰ, ਸੰਗਰੂਰ ਅਤੇ ਲੁਧਿਆਣਾ ਵਰਗੀਆਂ ਥਾਵਾਂ ਦੀ ਸੂਚੀ ਦਿੱਤੀ, ਜਿੱਥੇ ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਨੂੰ ਸ਼ਰੇਆਮ ਮਾਰਿਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਪੁਲੀਸ ਨਸ਼ਿਆਂ ਕਾਰਨ ਮਰੇ ਬੱਚਿਆਂ ਦੀਆਂ ਦੇਹਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਤੋਂ ਜ਼ਬਰਦਸਤੀ ਛੁਡਵਾ ਕੇ ਲੈ ਜਾ ਰਹੀ ਹੈ ਅਤੇ ਨਸ਼ਿਆਂ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਪੁਲੀਸ ਜਬਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਾਂ ਉਨ੍ਹਾਂ ਨੂੰ ਖ਼ੁਦਕੁਸ਼ੀ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਅਜਿਹੇ ਮਾਹੌਲ ਵਿੱਚ ਸਰਹੱਦੀ ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਅਮਨ-ਅਮਾਨ ਨਾਲ ਚੋਣਾਂ ਕਰਵਾਉਣਾ ਅਸੰਭਵ ਹੋ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਵਿਧਾਨ ਸਭਾ ਚੋਣਾਂ ਆਉਣ ਤੱਕ ਸਰਕਾਰ ਅਜਿਹਾ ਖੌਫ਼ ਪੈਦਾ ਕਰ ਦੇਵੇਗੀ ਕਿ ਨਾਗਰਿਕ ਬਿਨਾਂ ਡਰ ਤੋਂ ਵੋਟ ਨਹੀਂ ਪਾ ਸਕਣਗੇ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੂੰ ਹੋਰ ਸਮਾਂ ਦੇਣਾ ਲੋਕਾਂ ਦੇ ਮੌਲਿਕ ਅਤੇ ਮਾਨਵ ਅਧਿਕਾਰਾਂ ਦੀ ਹੋਰ ਉਲੰਘਣਾ ਕਰਨ ਦੀ ਇਜਾਜ਼ਤ ਦੇਣ ਦੇ ਬਰਾਬਰ ਹੋਵੇਗਾ।
Chandigarh
ਪੰਜਾਬ ਵਿੱਚ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਸ਼ੁਰੂ ਹੋਇਆ ਸੀ ਨਸ਼ੇ ਦਾ ਕਾਰੋਬਾਰ : ਹਰਪਾਲ ਚੀਮਾ
ਚੰਡੀਗੜ੍ਹ, 29 ਅਕਤੂਬਰ (ਸ.ਬ.) ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਪ੍ਰਦੇਸ਼ ਵਿੱਚ ਨਸ਼ੇ ਦਾ ਕਾਰੋਬਾਰ ਸ਼ੁਰੂ ਹੋਇਆ ਅਤੇ ਕਾਂਗਰਸ ਸਰਕਾਰ ਦੇ ਸਮੇਂ ਵੀ ਇਹ ਜਾਰੀ ਰਿਹਾ।
ਉਨ੍ਹਾਂ ਕਿਹਾ ਕਿ ਮਾਰਚ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪ੍ਰਦੇਸ਼ ਵਿੱਚ ਨਸ਼ੇ ਅਤੇ ਗੈਂਗਸਟਰਵਾਦ ਖ਼ਿਲਾਫ਼ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਸਰਕਾਰ ਬਣਦਿਆਂ ਹੀ ਐਂਟੀ ਗੈਂਗਸਟਰ ਟਾਸਕ ਫ਼ੋਰਸ ਦਾ ਗਠਨ ਕੀਤਾ ਗਿਆ, ਜਿਸ ਨੇ ਅਪਰਾਧੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਏਜੀਟੀਐਫ ਨੇ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਵੱਡੀ ਗਿਣਤੀ ਵਿੱਚ ਦੋਸ਼ੀਆਂ ਨੂੰ ਫੜਿਆ ਅਤੇ ਨਾਜਾਇਜ਼ ਹਥਿਆਰ ਵੀ ਬਰਾਮਦ ਕੀਤੇ। ਉਨ੍ਹਾਂ ਮੁਤਾਬਕ, 188 ਅਜਿਹੇ ਲੋਕਾਂ ਨੂੰ ਵੀ ਫੜਿਆ ਗਿਆ, ਜੋ ਅਪਰਾਧ ਵਿੱਚ ਸ਼ਾਮਲ ਸਨ।
ਨਸ਼ੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦਾ ਬਿਓਰਾ ਦਿੰਦਿਆਂ ਉਹਨਾਂ ਕਿਹਾ ਕਿ ਪ੍ਰਦੇਸ਼ ਵਿੱਚ ਹੁਣ ਤੱਕ 68,545 ਮਾਮਲੇ ਦਰਜ ਕੀਤੇ ਗਏ ਹਨ ਅਤੇ ਕਰੀਬ 89 ਹਜ਼ਾਰ ਦੋਸ਼ੀਆਂ ਨੂੰ ਫੜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਾਰਵਾਈ ਦੌਰਾਨ ਚਾਰ ਕੁਇੰਟਲ ਹੈਰੋਇਨ ਅਤੇ 23 ਕਰੋੜ ਰੁਪਏ ਤੋਂ ਵੱਧ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਉਹਨਾਂ ਕਿਹਾ ਕਿ ਨਸ਼ਾ ਤਸਕਰੀ ਖ਼ਿਲਾਫ਼ ਮੁਹਿੰਮ ਵਿੱਚ ਮੈਡੀਕਲ ਨਸ਼ੇ ਤੇ ਵੀ ਕਾਰਵਾਈ ਕੀਤੀ ਗਈ ਹੈ। ਇਸ ਦੌਰਾਨ 67 ਲੱਖ ਤੋਂ ਵੱਧ ਮੈਡੀਕਲ ਨਸ਼ੇ ਦੀਆਂ ਗੋਲੀਆਂ ਜਾਂ ਹੋਰ ਸੰਬੰਧਿਤ ਸਮੱਗਰੀ ਅਤੇ 4,200 ਟੀਕੇ ਫੜੇ ਗਏ ਹਨ। ਇਸ ਤੋਂ ਇਲਾਵਾ 84 ਕਿਲੋਗ੍ਰਾਮ ਨਸ਼ੀਲਾ ਪਾਊਡਰ ਵੀ ਬਰਾਮਦ ਕੀਤਾ ਗਿਆ ਹੈ।
ਉਹਨਾਂ ਦਾਅਵਾ ਕੀਤਾ ਕਿ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਦੇ ਤਹਿਤ ਨਸ਼ਾ ਤਸਕਰੀ ਤੇ ਰੋਕ ਲਗਾਉਣ ਲਈ ਡਰੋਨ ਰਾਹੀਂ ਹੋਣ ਵਾਲੀਆਂ ਗਤੀਵਿਧੀਆਂ ਤੇ ਵੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਨਸ਼ੇ ਦੀ ਸਪਲਾਈ ਚੇਨ ਤੋੜਨ ਲਈ ਪੁਲੀਸ ਲਗਾਤਾਰ ਕਾਰਵਾਈ ਕਰ ਰਹੀ ਹੈ।
Chandigarh
ਸਰਕਾਰ ਨੇ ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ 21-22 ਫੀਸਦੀ ਤੋਂ ਵਧਾ ਕੇ ਲਗਭਗ 88 ਫੀਸਦੀ ਕੀਤੀ : ਬਲਤੇਜ ਪੰਨੂ
ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦਾ ਨਹਿਰੀ ਨੈਟਵਰਕ ਤਬਾਹ ਕੀਤਾ
ਚੰਡੀਗੜ੍ਹ, 29 ਅਕਤੂਬਰ (ਸ.ਬ.) ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਾਂਗਰਸ ਅਤੇ ਅਕਾਲੀ-ਭਾਜਪਾ ਦੀਆਂ ਪਿਛਲੀਆਂ ਸਰਕਾਰਾਂ ਤੇ ਧਰਤੀ ਹੇਠਲੇ ਪਾਣੀ ਦੇ ਗੰਭੀਰ ਮੁੱਦੇ ਨੂੰ ਅਣਗੋਲਿਆ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਹੈ ਕਿ ਪੰਜਾਬ ਦੀ ਸੱਤਾ ਤੇ ਕਾਬਜ ਰਹੀਆਂ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦਾ ਨਹਿਰੀ ਨੈਟਵਰਕ ਪੂਰੀ ਤਰ੍ਹਾਂ ਤਬਾਹ ਕਰਨ ਦਾ ਕੰਮ ਕੀਤਾ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਾਡੀਆਂ ਨਹਿਰਾਂ, ਸੂਇਆਂ ਤੇ ਕੱਸੀਆਂ ਨੂੰ ਸਾਜ਼ਿਸ਼ ਤਹਿਤ ਗਾਇਬ ਹੋਣ ਦਿੱਤਾ ਜਦੋਂਕਿ ਮਾਹਰ ਚੇਤਾਵਨੀ ਦਿੰਦੇ ਆ ਰਹੇ ਸਨ ਕਿ ਪੰਜਾਬ ਦਾ ਧਰਤੀ ਹੇਠਲਾ ਪਾਣੀ ਬਹੁਤ ਤੇਜ਼ੀ ਨਾਲ ਖ਼ਤਮ ਹੋ ਰਿਹਾ ਹੈ, ਪਰ ਇਨ੍ਹਾਂ ਸਰਕਾਰਾਂ ਨੇ ਇਸ ਸਮੱਸਿਆ ਵੱਲ ਕਦੇ ਵੀ ਕੋਈ ਧਿਆਨ ਨਹੀਂ ਦਿੱਤਾ।
ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਜਦੋਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਐਸਵਾਈਐਲ ਦਾ ਟੱਕ ਲਾਇਆ ਸੀ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਸੋਨੇ ਦੀ ਕਹੀ ਤੇ ਚਾਂਦੀ ਦਾ ਬੱਠਲ ਪੇਸ਼ ਕੀਤਾ ਸੀ। ਇਸ ਤੋਂ ਵੀ ਪਹਿਲਾਂ ਬਾਦਲ ਸਰਕਾਰ ਵੇਲੇ ਐਸ ਵਾਈ ਐਲ ਦੀ ਮਨਜ਼ੂਰੀ ਦਵਾਈ ਗਈ, ਜਿਸ ਲਈ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਦੇਵੀ ਲਾਲ ਨੇ ਹਰਿਆਣਾ ਵਿਧਾਨ ਸਭਾ ਵਿੱਚ ਉਚੇਚੇ ਤੌਰ ਤੇ ਬਾਦਲ ਸਾਹਿਬ ਦਾ ਧੰਨਵਾਦ ਕੀਤਾ ਸੀ। ਇੰਨਾ ਹੀ ਨਹੀਂ, ਨਹਿਰਾਂ ਦੀ ਉੱਚਾਈ ਵੀ ਇਸ ਲਈ ਵਧਾਈ ਗਈ ਸੀ ਤਾਂ ਜੋ ਬਾਦਲਾਂ ਦੇ ਨਿੱਜੀ ਫਾਰਮ ਹਾਊਸ ਤੱਕ ਪਾਣੀ ਪਹੁੰਚ ਸਕੇ।
ਉਨ੍ਹਾਂ ਕਿਹਾ ਕਿ 2022 ਵਿੱਚ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਬਾਗਡੋਰ ਸੰਭਾਲੀ ਸੀ, ਉਦੋਂ ਪੰਜਾਬ ਵਿੱਚ ਮਹਿਜ਼ 21-22 ਪ੍ਰਤੀਸ਼ਤ ਨਹਿਰੀ ਪਾਣੀ ਵਰਤਿਆ ਜਾਂਦਾ ਸੀ, ਜੋ ਅੱਜ ਵਧ ਕੇ 88 ਪ੍ਰਤੀਸ਼ਤ ਦੇ ਨੇੜੇ ਪਹੁੰਚ ਗਿਆ ਹੈ। ਉਹਨਾਂ ਕਿਹਾ ਕਿ ਸਰਕਾਰ ਆਉਂਦਿਆਂ ਹੀ ਪਹਿਲ ਦੇ ਆਧਾਰ ਤੇ ਨਹਿਰੀ ਪਾਣੀ ਨੂੰ ਰਿਵਾਈਵ ਕਰਨ ਦੇ ਹੁਕਮ ਦਿੱਤੇ ਗਏ ਅਤੇ ਮਿੱਟੀ ਹੇਠ ਦੱਬੀਆਂ ਕੱਸੀਆਂ ਲੱਭ ਕੇ ਅਤੇ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾ ਕੇ ਅੱਜ ਕਿਸਾਨਾਂ ਨੂੰ ਫ਼ਸਲਾਂ ਲਈ ਮਿਨਰਲ-ਰਿਚ ਨਹਿਰੀ ਪਾਣੀ ਦਿੱਤਾ ਜਾ ਰਿਹਾ ਹੈ। ਇਸ ਨਾਲ ਧਰਤੀ ਹੇਠੋਂ ਪਾਣੀ ਕੱਢਣਾ ਘਟਿਆ ਹੈ ਅਤੇ ਪਿੰਡਾਂ ਵਿੱਚ ਬੋਰਾਂ ਵਿੱਚ ਹੋਰ ‘ਟੋਟਾ’ ਪਾਉਣ ਦੀ ਨੌਬਤ ਖ਼ਤਮ ਹੋ ਕੇ ਪਾਣੀ ਦਾ ਪੱਧਰ ਸੁਧਰਨਾ ਸ਼ੁਰੂ ਹੋਇਆ ਹੈ।
ਉਹਨਾਂ ਕਿਹਾ ਕਿ ਵਿਧਾਨ ਸਭਾ ਦੇ ਹਾਲੀਆ ਸੈਸ਼ਨ ਦੇ ਆਖਰੀ ਦਿਨ ਪਾਣੀਆਂ ਨਾਲ ਸਬੰਧਤ ਇਤਿਹਾਸਕ ਮਤੇ ਲਿਆਂਦੇ ਗਏ ਸਨ, ਪਰ ਕਾਂਗਰਸ ਜਾਣਬੁੱਝ ਕੇ ਡਰਾਮਾ ਰਚ ਕੇ ਵਿਧਾਨ ਸਭਾ ਵਿੱਚੋਂ ਬਾਹਰ ਭੱਜ ਗਈ। ਉਹਨਾਂ ਕਿਹਾ ਕਿ ਵੋਟ ਚੋਰੀ ਦੇ ਮਾਮਲੇ ਤੇ ਤਾਂ ਉਹ ਪਾਸਾ ਵੱਟ ਹੀ ਰਹੇ ਸਨ, ਪਰ ਪਾਣੀਆਂ ਦੇ ਮੁੱਦੇ ਤੇ ਵੀ ਗਾਇਬ ਰਹੇ।
-
International2 months ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
National2 months agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Editorial1 month agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
International2 months ago
ਛੇ ਸਾਲਾਂ ਦੀ ਮੁਅੱਤਲੀ ਤੋਂ ਬਾਅਦ ਗੁਆਂਗਜ਼ੂ-ਦਿੱਲੀ ਉਡਾਣਾਂ ਮੁੜ ਸ਼ੁਰੂ ਹੋਣਗੀਆਂ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
