National
ਨਵੀ ਮੁੰਬਈ ਦੇ ਸਾਨਪਾੜਾ ਵਿੱਚ ਧਮਾਕੇ ਨਾਲ 6 ਦੁਕਾਨਾਂ ਤਬਾਹ, ਦੋ ਵਿਅਕਤੀ ਗੰਭੀਰ ਜ਼ਖ਼ਮੀ
ਮੁੰਬਈ, 15 ਸਤੰਬਰ (ਸ.ਬ.) ਮਹਾਰਾਸ਼ਟਰ ਦੀ ਨਵੀ ਮੁੰਬਈ ਦੇ ਸਾਨਪਾੜਾ ਸੈਕਟਰ-1 ਸਥਿਤ ਪ੍ਰਤੀਕਸ਼ਾ ਬਿਲਡਿੰਗ ਵਿੱਚ ਸਾਗਰ ਫੈਮਿਲੀ ਰੈਸਟੋਰੈਂਟ ਵਿੱਚ ਜ਼ਬਰਦਸਤ ਧਮਾਕਾ ਹੋਇਆ। ਇਸ ਹਾਦਸੇ ਵਿੱਚ ਦੋ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ਦਾ ਨਵੀ ਮੁੰਬਈ ਮਿਊਂਸਿਪਲ ਕਾਰਪੋਰੇਸ਼ਨ ਦੇ ਵਾਸ਼ੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਧਮਾਕਾ ਸਵੇਰੇ ਕਰੀਬ 6 ਵਜੇ ਹੋਇਆ।
ਇਸ ਕਮਰਸ਼ੀਅਲ ਬਿਲਡਿੰਗ ਵਿੱਚ ਹੋਇਆ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸਦੇ ਨਾਲ ਲੱਗਦੀ ਅਭਿਮਨਿਊ ਸੀ ਐਚ ਐਸ ਦੀਆਂ ਦੁਕਾਨਾਂ ਵੀ ਪ੍ਰਭਾਵਿਤ ਹੋਈਆਂ। ਬਿਲਡਿੰਗ ਦੇ ਸਾਹਮਣੇ ਸਥਿਤ ਹਸਪਤਾਲ ਦੀਆਂ ਖਿੜਕੀਆਂ ਦੇ ਸ਼ੀਸ਼ੇ ਤੱਕ ਟੁੱਟ ਗਏ। ਧਮਾਕੇ ਕਾਰਨ ਆਸ-ਪਾਸ ਦੀਆਂ 6 ਦੁਕਾਨਾਂ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ।
ਨਵੀ ਮੁੰਬਈ ਵਿੱਚ ਸਵੇਰੇ ਤੜਕੇ ਵਾਪਰੀ ਇਸ ਘਟਨਾ ਵਿੱਚ 26 ਸਾਲਾ ਅਰੁਣ ਯਾਦਵ ਅਤੇ 46 ਸਾਲਾ ਅਰਜੁਨ ਯਾਦਵ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਦੋਵੇਂ ਜ਼ਖ਼ਮੀਆਂ ਦਾ ਨਵੀ ਮੁੰਬਈ ਮਿਊਂਸਿਪਲ ਕਾਰਪੋਰੇਸ਼ਨ ਦੇ ਵਾਸ਼ੀ ਹਸਪਤਾਲ ਵਿੱਚ ਇਲਾਜ ਜਾਰੀ ਹੈ। ਵਾਸ਼ੀ ਦੇ ਫਾਇਰ ਡਿਪਾਰਟਮੈਂਟ ਅਧਿਕਾਰੀ ਪੁਰਸ਼ੋਤਮ ਜਾਧਵ ਨੇ ਦੱਸਿਆ ਕਿ ਸਾਨਪਾੜਾ ਵਿੱਚ ਹੋਏ ਇਸ ਧਮਾਕੇ ਦੀ ਜਾਂਚ ਜਾਰੀ ਹੈ। ਸ਼ੁਰੂਆਤੀ ਜਾਂਚ ਵਿੱਚ ਨੇੜਲੀ ਖਾਣ-ਪੀਣ ਦੀ ਦੁਕਾਨ ਵਿੱਚ ਮਿਲੇ ਤਿੰਨ ਸਿਲੰਡਰ ਸਹੀ ਸਲਾਮਤ ਦਿਖਾਈ ਦੇ ਰਹੇ ਹਨ। ਘਟਨਾ ਦੀ ਅਸਲ ਵਜ੍ਹਾ ਦਾ ਪਤਾ ਲਗਾਉਣ ਲਈ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਸ਼ੁਰੂਆਤੀ ਜਾਣਕਾਰੀ ਮੁਤਾਬਕ ਧਮਾਕਾ ਗੈਸ ਸਿਲੰਡਰ ਕਾਰਨ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
National
ਵੈਨ ਅਤੇ ਟਰੱਕ ਦੀ ਟੱਕਰ ਕਾਰਨ ਇੱਕੋ ਪਰਿਵਾਰ ਦੇ 5 ਮੈਂਬਰਾਂ ਸਮੇਤ 6 ਵਿਅਕਤੀਆਂ ਦੀ ਮੌਤ
ਕੁਸ਼ੀਨਗਰ, 2 ਨਵੰਬਰ (ਸ.ਬ.) ਕੁਸ਼ੀਨਗਰ ਦੇ ਹਾਟਾ ਥਾਣਾ ਖੇਤਰ ਵਿੱਚ ਬੀਤੀ ਦੇਰ ਰਾਤ ਇੱਕ ਸੜਕ ਹਾਦਸੇ ਵਿੱਚ 6 ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚੋਂ ਪੰਜ ਮੈਂਬਰ ਇੱਕੋ ਪਰਿਵਾਰ ਦੇ ਸੀ। ਦੋ ਲੋਕ ਗੰਭੀਰ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਇਹ ਹਾਦਸਾ ਇੱਕ ਵੈਨ ਅਤੇ ਟਰੱਕ ਵਿਚਕਾਰ ਆਹਮੋ-ਸਾਹਮਣੇ ਟੱਕਰ ਕਾਰਨ ਵਾਪਰਿਆ।
ਹਾਟਾ ਥਾਣਾ ਇੰਚਾਰਜ ਧਰਮਿੰਦਰ ਸਿੰਘ ਨੇ ਦੱਸਿਆ ਕਿ ਪੀੜਤ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਘਰ ਵਾਪਸ ਆ ਰਹੇ ਸਨ ਜਦੋਂ ਉਨ੍ਹਾਂ ਦੀ ਵੈਨ ਇੱਕ ਟਰੱਕ ਨਾਲ ਟਕਰਾ ਗਈ। ਛੇ ਵਿਅਕਤੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖਮੀ ਹੋ ਗਏ।
ਜ਼ਖਮੀ ਵਿਅਕਤੀਆਂ ਨੂੰ ਐਂਬੂਲੈਂਸ ਰਾਹੀਂ ਗੋਰਖਪੁਰ ਦੇ ਬੀਆਰਡੀ ਮੈਡੀਕਲ ਕਾਲਜ ਲਿਜਾਇਆ ਗਿਆ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਕਾਨੂੰਨੀ ਕਾਰਵਾਈ ਅਤੇ ਜਾਂਚ ਸ਼ੁਰੂ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਮਰਨ ਵਾਲਿਆਂ ਦੀ ਪਛਾਣ ਮ੍ਰਿਦੁਲ ਮਿਸ਼ਰਾ (38), ਕਨ੍ਹਈਆ ਪ੍ਰਸਾਦ (45), ਮਿਥਲੇਸ਼ ਗੁਪਤਾ (21), ਰੰਜਯ ਗੁਪਤਾ (37), ਰਾਮ ਮਿਲਨ ਪ੍ਰਸਾਦ (38), ਰਾਮਵਿਲਾਸ (65) ਅਤੇ ਆਯੁਸ਼ ਪ੍ਰਸਾਦ (17) ਵਜੋਂ ਹੋਈ ਹੈ।
ਕਨ੍ਹਈਆ ਪ੍ਰਸਾਦ, ਰਾਮ ਮਿਲਨ ਪ੍ਰਸਾਦ, ਰਾਮਵਿਲਾਸ, ਮਿਥਲੇਸ਼ ਅਤੇ ਆਯੁਸ਼ ਪ੍ਰਸਾਦ ਇੱਕੋ ਪਰਿਵਾਰ ਦੇ ਮੈਂਬਰ ਦੱਸੇ ਜਾਂਦੇ ਹਨ। ਰਿਪੋਰਟਾਂ ਮੁਤਾਬਕ, ਕਪਤਾਨਗੰਜ ਥਾਣਾ ਖੇਤਰ ਦੇ ਭਾਲੂਹੀ ਪਿੰਡ ਦੇ ਵਸਨੀਕ ਕਨ੍ਹਈਆ ਪ੍ਰਸਾਦ ਦੇ ਇੱਕ ਰਿਸ਼ਤੇਦਾਰ ਦੇ ਘਰ, ਹਾਟਾ ਥਾਣਾ ਖੇਤਰ ਦੇ ਦੇਵਰਾਜ ਪਿਪਰਾ ਪਿੰਡ ਵਿੱਚ, ਤਿਲਕ ਸਮਾਰੋਹ ਹੋ ਰਿਹਾ ਸੀ। ਪਰਿਵਾਰ ਅਤੇ ਰਿਸ਼ਤੇਦਾਰ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਵੈਨ ਰਾਹੀਂ ਪਹੁੰਚੇ ਸਨ।
ਬੀਤੀ ਦੇਰ ਰਾਤ ਤਿਲਕ ਸਮਾਰੋਹ ਤੋਂ ਵਾਪਸ ਆਉਂਦੇ ਸਮੇਂ, ਉਨ੍ਹਾਂ ਦੀ ਵੈਨ ਇੱਕ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ 6 ਵਿਅਕਤੀਆਂ ਦੀ ਮੌਤ ਹੋ ਗਈ।
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲੀਸ ਮੌਕੇ ਤੇ ਪਹੁੰਚੀ। ਸਥਾਨਕ ਨਿਵਾਸੀਆਂ ਦੀ ਮਦਦ ਨਾਲ ਪੁਲੀਸ ਨੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਕਾਰ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਣ ਵਿੱਚ ਸਫਲਤਾ ਹਾਸਲ ਕੀਤੀ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਗੋਰਖਪੁਰ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ। ਪੁਲੀਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
National
ਸੜਕ ਬਣਾਉਂਦੇ ਸਮੇਂ ਕਰੰਟ ਲੱਗਣ ਕਾਰਨ 8 ਮਜ਼ਦੂਰਾਂ ਦੀ ਮੌਤ, 5 ਗੰਭੀਰ ਝੁਲਸੇ
ਜੈਪੁਰ, 2 ਨਵੰਬਰ (ਸ.ਬ.) ਰਾਜਸਥਾਨ ਦੇ ਝੁੰਝਨੂੰ ਜ਼ਿਲ੍ਹੇ ਦੇ ਉਦੈਪੁਰਵਾਟੀ ਤਹਿਸੀਲ ਦੇ ਛਾਪੋਲੀ ਪਿੰਡ ਵਿੱਚ ਅੱਜ ਸੜਕ ਨਿਰਮਾਣ ਦੇ ਕੰਮ ਦੌਰਾਨ ਕਰੰਟ ਲੱਗਣ ਨਾਲ ਅੱਠ ਮਜ਼ਦੂਰਾਂ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਪੰਜ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਝੁਲਸ ਗਏ।
ਉਦੈਪੁਰਵਾਟੀ ਦੇ ਐਸਐਚਓ ਰਾਮਪਾਲ ਨੇ ਦੱਸਿਆ ਕਿ ਸੜਕ ਨਿਰਮਾਣ ਦੌਰਾਨ ਬੱਜਰੀ ਮਿਲਾਉਣ ਦੇ ਕੰਮ ਵਿੱਚ ਵਰਤੀ ਜਾਣ ਵਾਲੀ ਇਕ ਮਸ਼ੀਨ ਉੱਪਰੋਂ ਲੰਘ ਰਹੀ ਹਾਈਟੈਂਸ਼ਨ ਬਿਜਲੀ ਦੀ ਤਾਰ ਦੇ ਸੰਪਰਕ ਵਿੱਚ ਆ ਗਈ। ਹਾਈਟੈਂਸ਼ਨ ਤਾਰ ਦੇ ਸੰਪਰਕ ਵਿੱਚ ਆਉਂਦਿਆਂ ਹੀ ਪੂਰੀ ਮਸ਼ੀਨ ਵਿੱਚ ਕਰੰਟ ਦੌੜ ਗਿਆ, ਜਿਸ ਦੀ ਲਪੇਟ ਵਿੱਚ ਉੱਥੇ ਕੰਮ ਕਰ ਰਹੇ ਮਜ਼ਦੂਰ ਆ ਗਏ।
ਹਾਦਸੇ ਤੋਂ ਬਾਅਦ ਗੁੱਸੇ ਵਿੱਚ ਆਏ ਪਿੰਡ ਵਾਸੀਆਂ ਨੇ ਮੌਕੇ ਤੇ ਧਰਨਾ ਸ਼ੁਰੂ ਕਰ ਦਿੱਤਾ। ਉੱਧਰ, ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਵਿਧਾਇਕ ਭਗਵਾਨਾਰਾਮ ਸੈਣੀ ਅਤੇ ਡੀਐਸਪੀ ਸੁਗਨ ਸਿੰਘ ਵੀ ਮੌਕੇ ਤੇ ਪਹੁੰਚ ਗਏ।
ਇਸ ਹਾਦਸੇ ਤੇ ਮੁੱਖ ਮੰਤਰੀ ਭਜਨਲਾਲ ਸ਼ਰਮਾ ਨੇ ਦੁੱਖ ਪ੍ਰਗਟ ਕਰਦਿਆਂ ਅਧਿਕਾਰੀਆਂ ਨੂੰ ਜ਼ਖ਼ਮੀਆਂ ਦੇ ਇਲਾਜ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਤੁਰੰਤ ਸਹਾਇਤਾ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।
ਮੁੱਖ ਮੰਤਰੀ ਭਜਨਲਾਲ ਸ਼ਰਮਾ ਨੇ ਇਸ ਹਾਦਸੇ ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਝੁੰਝਨੂੰ ਵਿੱਚ ਵਾਪਰੇ ਹਾਦਸੇ ਦੌਰਾਨ ਕਰੰਟ ਲੱਗਣ ਨਾਲ ਮਜ਼ਦੂਰਾਂ ਦੀ ਬੇਵਕਤੀ ਮੌਤ ਦੀ ਖ਼ਬਰ ਬੇਹੱਦ ਦੁਖਦਾਈ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਜ਼ਖ਼ਮੀਆਂ ਦਾ ਢੁੱਕਵਾਂ ਇਲਾਜ ਕਰਵਾਉਣ, ਪ੍ਰਭਾਵਿਤ ਪਰਿਵਾਰਾਂ ਨੂੰ ਤੁਰੰਤ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਅਤੇ ਘਟਨਾ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ, ਜ਼ਖ਼ਮੀਆਂ ਨੂੰ ਜਲਦੀ ਸਿਹਤਯਾਬ ਕਰੇ ਅਤੇ ਦੁਖੀ ਪਰਿਵਾਰਾਂ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖ਼ਸ਼ੇ।
National
ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਵੱਲੋਂ ਪੰਜਾਬ ਕਾਂਗਰਸ ਦੇ ਲੀਡਰਾਂ ਨਾਲ ਮੀਟਿੰਗ
ਨਵੀਂ ਦਿੱਲੀ, 31 ਅਕਤੂਬਰ (ਸ.ਬ.) ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅੱਜ ਪਾਰਟੀ ਹੈਡਕੁਆਰਟਰ ਇੰਦਰਾ ਭਵਨ ਵਿਖੇ ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ। ਇਸ ਉੱਚ ਪੱਧਰੀ ਮੀਟਿੰਗ ਵਿਚ ਮੱਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਤੋਂ ਇਲਾਵਾ ਕਾਂਗਰਸ ਦੇ ਸੰਗਠਨ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ, ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ, ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਪ੍ਰਧਾਨ ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ, ਵਿਜੇ ਇੰਦਰ ਸਿੰਗਲਾ, ਰਾਜ ਕੁਮਾਰ ਵੇਰਕਾ ਸਮੇਤ ਕਈ ਹੋਰ ਪ੍ਰਮੁੱਖ ਆਗੂ ਮੌਜੂਦ ਸਨ।
ਪ੍ਰਾਪਤ ਜਾਣਕਾਰੀ ਅਨੁਸਾਰ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇ ਚਰਚਾ ਕਰਨ ਲਈ ਕੀਤੀ ਗਈ ਮੀਟਿੰਗ ਦੌਰਾਨ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ, ਆਗੂਆਂ ਵਿਚਕਾਰ ਤਾਲਮੇਲ ਵਧਾਉਣ ਅਤੇ ਚੋਣ ਰਣਨੀਤੀ ਘੜਨ ਤੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਤੋਂ ਬਾਅਦ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਕਿਹਾ ਕਿ ਪੰਜਾਬ ਦੇ ਲੋਕ ਫ਼ੈਸਲਾਕੁੰਨ ਬਦਲਾਅ ਅਤੇ ਇਕ ਨਵੀਂ ਸ਼ੁਰੂਆਤ ਲਈ ਉਤਸ਼ਾਹਤ ਹਨ। ਖੜਗੇ ਨੇ ਕਿਹਾ ਕਿ ‘ਆਪ’ ਨੇ ਲੋਕਾਂ ਦੇ ਵਿਸ਼ਵਾਸ ਨਾਲ ਧੋਖਾ ਕੀਤਾ ਹੈ ਅਤੇ ਇਸ ਦੇ ਵੱਡੇ-ਵੱਡੇ ਵਾਅਦੇ ਅਸਫ਼ਲ ਸ਼ਾਸਨ, ਭ੍ਰਿਸ਼ਟਾਚਾਰ, ਨਸ਼ਿਆਂ ਦੇ ਪ੍ਰਕੋਪ, ਵਧਦੀ ਅਸੁਰੱਖਿਆ ਅਤੇ ਟੁੱਟੀਆਂ ਉਮੀਦਾਂ ਵਿਚ ਤਬਦੀਲ ਹੋ ਚੁੱਕੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ਪੰਜਾਬ ਦੇ ਮਾਣ ਨੂੰ ਬਹਾਲ ਕਰਨ, ਇਸ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਅਤੇ ਸ਼ਾਂਤੀ, ਖੁਸ਼ਹਾਲੀ ਤੇ ਤਰੱਕੀ ਦਾ ਨਵਾਂ ਦੌਰ ਲਿਆਉਣ ਲਈ ਕੋਈ ਕਸਰ ਨਹੀਂ ਛੱਡੇਗੀ।
ਜਿਕਰਯੋਗ ਹੈ ਕਿ ਚੋਣਾਂ ਤੋਂ ਪਹਿਲਾਂ ਵਰਕਰਾਂ ਵਿਚ ਉਤਸ਼ਾਹ ਭਰਨ ਅਤੇ ਸੂਬੇ ਦੇ ਰਾਜਨੀਤਿਕ ਮੁੱਦਿਆਂ ਨੂੰ ਚੁੱਕਣ ਲਈ ਕਾਂਗਰਸ 4 ਨਵੰਬਰ ਨੂੰ ਸੰਗਰੂਰ ਵਿਖੇ ‘ਇਨਸਾਫ਼ ਰੈਲੀ’ ਦਾ ਆਯੋਜਨ ਕਰਨ ਜਾ ਰਹੀ ਹੈ। ਇਸ ਰੈਲੀ ਨੂੰ ਰਾਹੁਲ ਗਾਂਧੀ ਸੰਬੋਧਨ ਕਰਨਗੇ। ਪੰਜਾਬ ਕਾਂਗਰਸ ਨੇ ਦਾਅਵਾ ਕੀਤਾ ਹੈ ਕਿ ਇਸ ਰੈਲੀ ਵਿਚ 1 ਲੱਖ ਤੋਂ ਵੱਧ ਲੋਕ ਸ਼ਾਮਲ ਹੋਣਗੇ।
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
National2 months agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Editorial1 month agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
International4 weeks agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
