Mohali
ਪੰਜਾਬ ਸਰਕਾਰ ਦੇ ਰਹੀ ਹੈ ਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ : ਭਗਵੰਤ ਸਿੰਘ ਮਾਨ
ਨੌਜਵਾਨਾਂ ਦੇ ਕਾਰੋਬਾਰੀ ਵਿਚਾਰਾਂ ਨੂੰ ਹਕੀਕਤ ਵਿੱਚ ਬਦਲਣ ਲਈ ‘ਸਟਾਰਟਅੱਪ ਸੈਂਟਰ’ ਸਥਾਪਿਤ ਕੀਤਾ
ਐਸ.ਏ.ਐਸ. ਨਗਰ, 19 ਸਤੰਬਰ (ਸ.ਬ.) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਲਈ ਢੁਕਵੇਂ ਮੌਕੇ, ਵਿੱਤੀ ਸਹਾਇਤਾ ਅਤੇ ਸੰਸਥਾਗਤ ਸਹਿਯੋਗ ਦਾ ਮਜ਼ਬੂਤ ਢਾਂਚਾ ਤਿਆਰ ਕਰ ਰਹੀ ਹੈ ਤਾਂ ਜੋ ਉਨ੍ਹਾਂ ਦੇ ਨਿਵੇਕਲੇ ਵਿਚਾਰਾਂ ਨੂੰ ਹਕੀਕਤ ਵਿੱਚ ਬਦਲਿਆ ਜਾ ਸਕੇ। ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈਐਸਬੀ) ਵੱਲੋਂ ਮੁਹਾਲੀ ਕੈਂਪਸ ਵਿਖੇ ‘ਇੰਡੀਆ ਅਨਬਾਉਂਡ: ਡਿਫਾਈਨਿੰਗ ਟੁਮਾਰੋਜ਼ ਲੀਡਰਸ਼ਿਪ’ ਵਿਸ਼ੇ ਤੇ ਕਰਵਾਏ ਆਈ ਐਸ ਬੀ ਲੀਡਰਸ਼ਿਪ ਸੰਮੇਲਨ-2026 ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਪ੍ਰਤਿਭਾ ਜਾਂ ਊਰਜਾ ਦੀ ਕੋਈ ਕਮੀ ਨਹੀਂ ਹੈ। ਇਸੇ ਕਰਕੇ ਸਰਕਾਰ ਅਜਿਹੇ ਰੌਸ਼ਨ ਦਿਮਾਗ ਨੌਜਵਾਨਾਂ ਨੂੰ ਆਪਣੀ ਕਾਬਲੀਅਤ ਦਿਖਾਉਣ, ਕਾਰੋਬਾਰ ਸਥਾਪਤ ਕਰਨ ਅਤੇ ਰੋਜ਼ਗਾਰ ਪੈਦਾ ਕਰਨ ਲਈ ਢੁਕਵਾਂ ਮੰਚ ਪ੍ਰਦਾਨ ਕਰਨ ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਆਈ ਐਸ ਬੀ ਦੇ ਚੇਅਰਮੈਨ ਹਰੀਸ਼ ਮਨਵਾਨੀ, ਡੀਨ ਪ੍ਰੋਫੈਸਰ ਮਦਨ, ਅਕਾਦਮਿਕ ਅਤੇ ਕਾਰੋਬਾਰੀ ਜਗਤ ਦੀਆਂ ਉੱਘੀਆਂ ਸ਼ਖਸੀਅਤਾਂ ਅਤੇ ਵਿਦਿਆਰਥੀਆਂ ਨੂੰ ਆਈ ਐਸ ਬੀ ਦੇ 25 ਸਾਲ ਪੂਰੇ ਹੋਣ ਤੇ ਵਧਾਈ ਦਿੰਦਿਆਂ ਉਹਨਾਂ ਕਿਹਾ ਕਿ ਆਈ ਐਸ ਬੀ ਵਰਗੀਆਂ ਸੰਸਥਾਵਾਂ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਹੀ ਦਿਸ਼ਾ ਦੇਣ ਵਿੱਚ ਵਡਮੁੱਲੀ ਭੂਮਿਕਾ ਨਿਭਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਨਵੀਨਤਾਕਾਰੀ ਵਿਚਾਰਾਂ ਨੂੰ ਹਕੀਕਤ ਵਿੱਚ ਬਦਲਣ ਲਈ ‘ਸਟਾਰਟਅੱਪ ਸੈਂਟਰ’ ਸਥਾਪਿਤ ਕੀਤਾ ਹੈ, ਜਦਕਿ ‘ਬਿਜ਼ਨਸ ਬਲਾਸਟਰਜ਼’ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਸੀਡ ਮਨੀ ਅਤੇ ਸਕੂਲ ਆਫ਼ ਐਮੀਨੈਂਸ ਤੋਂ ਉਸਾਰੂ ਤੇ ਲਾਹੇਵੰਦ ਵਿਚਾਰ ਪ੍ਰਦਾਨ ਕੀਤੇ ਗਏ ਹਨ ਤਾਂ ਜੋ ਉਹ ਉਜਵਲ ਭਵਿੱਖ ਵੱਲ ਪੁਲਾਂਘ ਪੁੱਟ ਸਕਣ। ਉਦਯੋਗਪਤੀਆਂ ਅਤੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬੇ ਨੂੰ ਉਦਯੋਗ, ਨਿਵੇਸ਼ ਅਤੇ ਨਵੀਨਤਾ ਦੇ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲਾ ਸਮਾਂ ਉਨ੍ਹਾਂ ਸਮਾਜਾਂ ਦਾ ਹੀ ਹੈ ਜੋ ਨਵੀਨਤਾ ਲਿਆਉਣ, ਸੋਚ-ਸਮਝ ਕੇ ਜੋਖਮ ਉਠਾਉਣ ਅਤੇ ਉੱਭਰਦੇ ਮੌਕਿਆਂ ਨੂੰ ਟਿਕਾਊ ਵਿਕਾਸ ਵਿੱਚ ਬਦਲਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਆਈਐਸਬੀ ਲੀਡਰਸ਼ਿਪ ਸੰਮੇਲਨ ਭਾਰਤ ਦੇ ਭਵਿੱਖ ਨੂੰ ਆਕਾਰ ਦੇਣ ਵਾਲੀ ਲੀਡਰਸ਼ਿਪ ਅਤੇ ਮੌਕਿਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਕਾਰੋਬਾਰੀ ਆਗੂਆਂ, ਉੱਦਮੀਆਂ, ਨੀਤੀ-ਘਾੜਿਆਂ, ਨਵੀਨਤਾਕਾਰਾਂ ਅਤੇ ਵਿਦਿਆਰਥੀਆਂ ਨੂੰ ਇੱਕੋ ਮੰਚ ਤੇ ਇਕੱਤਰ ਹੋਣ ਦਾ ਮੌਕਾ ਪ੍ਰਦਾਨ ਕਰਦਾ ਹੈ।
ਉਨ੍ਹਾਂ ਕਿਹਾ ਕਿ ਅੱਜ ਭਾਰਤ ਕੋਲ ਆਪਣੀ ਨੌਜਵਾਨ ਆਬਾਦੀ, ਤਕਨੀਕੀ ਸਮਰੱਥਾਵਾਂ ਅਤੇ ਵਧ ਰਹੀਆਂ ਆਰਥਿਕ ਇੱਛਾਵਾਂ ਕਾਰਨ ਅਥਾਹ ਸਮਰੱਥਾ ਹੈ, ਪਰ ਮੌਕੇ ਆਪਣੇ ਆਪ ਲਾਹੇਵੰਦ ਸਾਬਤ ਨਹੀਂ ਹੁੰਦੇ। ਅਸਲ ਅਗਵਾਈ ਚੁਣੌਤੀਆਂ ਦੇ ਵਿਚਕਾਰ ਮੌਕਿਆਂ ਦੀ ਪਛਾਣ ਕਰਨ ਬਾਰੇ ਹੈ। ਦੂਰਅੰਦੇਸ਼ ਸੋਚ, ਨਿਵੇਸ਼ ਅਤੇ ਜੋਖਮ ਉਠਾਉਣ ਦੇ ਹੌਸਲੇ ਰਾਹੀਂ ਮੌਕਿਆਂ ਨੂੰ ਨਤੀਜਿਆਂ ਵਿੱਚ ਬਦਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਲਗਾਤਾਰ ਵਿਕਾਸ ਦੇ ਆਲਮੀ ਧੁਰੇ ਵਜੋਂ ਉੱਭਰ ਰਿਹਾ ਹੈ ਅਤੇ ਆਈ ਐਸ ਬੀ ਵਰਗੀਆਂ ਸੰਸਥਾਵਾਂ ਉੱਦਮੀਆਂ, ਪੇਸ਼ੇਵਰਾਂ ਅਤੇ ਕਾਰੋਬਾਰੀ ਆਗੂਆਂ ਦੀ ਅਗਲੀ ਪੀੜ੍ਹੀ ਨੂੰ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ, ਜੋ ਇਸ ਬਦਲਾਅ ਦੀ ਅਗਵਾਈ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਮੁਹਾਲੀ ਤੇਜ਼ੀ ਨਾਲ ਤਕਨਾਲੋਜੀ, ਉੱਦਮਤਾ ਅਤੇ ਨਵੀਨਤਾ ਦੇ ਇੱਕ ਮਹੱਤਵਪੂਰਨ ਕੇਂਦਰ ਵਜੋਂ ਵਿਕਸਤ ਹੋ ਰਿਹਾ ਹੈ। ਇਸ ਦੌਰਾਨ ਉਨ੍ਹਾਂ ਕਾਲਕਟ ਭਵਨ ਵਿਖੇ ਸਥਿਤ ‘ਸਟਾਰਟਅੱਪ ਇਨਕਿਊਬੇਟਰ’ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਉੱਭਰਦੇ ਉੱਦਮੀਆਂ ਅਤੇ ਨਵੀਨਤਾਕਾਰੀ ਉੱਦਮਾਂ ਨੂੰ ਸੰਸਥਾਗਤ ਸਹਿਯੋਗ ਦੇਣ ਲਈ ਤਿਆਰ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਕੋਲ ਸਟਾਰਟਅੱਪਸ, ਤਕਨਾਲੋਜੀ-ਅਧਾਰਿਤ ਉੱਦਮਾਂ ਅਤੇ ਆਧੁਨਿਕ ਯੁੱਗ ਦੀਆਂ ਸਨਅਤਾਂ ਲਈ ਇੱਕ ਪ੍ਰਮੁੱਖ ਕੇਂਦਰ ਬਣਨ ਦੀ ਅਥਾਹ ਸਮਰੱਥਾ ਹੈ। ਸੂਬਾ ਸਰਕਾਰ ਦਾ ਉਦੇਸ਼ ਸਪੱਸ਼ਟ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਮੌਕਿਆਂ ਦੀ ਭਾਲ ਵਿੱਚ ਸੂਬਾ ਛੱਡ ਕੇ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ ਅਸੀਂ ਅਜਿਹਾ ਮਾਹੌਲ ਸਿਰਜਣਾ ਚਾਹੁੰਦੇ ਹਾਂ, ਜਿੱਥੇ ਨੌਜਵਾਨ ਸੁਪਨੇ ਦੇਖ ਸਕਣ, ਨਵੀਨਤਾ ਲਿਆ ਸਕਣ, ਕਾਰੋਬਾਰ ਸ਼ੁਰੂ ਕਰ ਸਕਣ ਅਤੇ ਪੰਜਾਬ ਵਿੱਚ ਹੀ ਰੋਜ਼ਗਾਰ ਪੈਦਾ ਕਰ ਸਕਣ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ‘ਸਕੂਲਜ਼ ਆਫ਼ ਐਮੀਨੈਂਸ’ ਵਿੱਚ ‘ਬਿਜ਼ਨਸ ਬਲਾਸਟਰਜ਼’ ਪ੍ਰੋਗਰਾਮ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਉਦਯੋਗਿਕ ਆਗੂ ਅਤੇ ਉੱਦਮੀਆਂ ਦੀ ਸਰਪ੍ਰਸਤੀ ਕਰਨ ਵਾਲੇ ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਨਵੇਂ ਕਾਰੋਬਾਰ ਸਥਾਪਤ ਕਰਨ ਲਈ ਸੀਡ ਮਨੀ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਉੱਦਮਤਾ ਨੂੰ ਸਿਰਫ਼ ਕਰੀਅਰ ਦੇ ਇੱਕ ਵਿਕਲਪ ਵਜੋਂ ਨਹੀਂ, ਬਲਕਿ ਰੋਜ਼ਗਾਰ ਪੈਦਾ ਕਰਨ ਅਤੇ ਅਸਲ ਜੀਵਨ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਸਾਧਨ ਵਜੋਂ ਦੇਖਿਆ ਜਾਣਾ ਚਾਹੀਦਾ ਹੈ। ਵਿਦਿਆਰਥੀਆਂ ਨੂੰ ਰਵਾਇਤੀ ਕੈਰੀਅਰ ਦੇ ਰਾਹਾਂ ਤੋਂ ਹਟ ਕੇ ਸੋਚਣ ਲਈ ਪ੍ਰੇਰਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਹੱਲ ਤਿਆਰ ਕਰਨ ਤੇ ਧਿਆਨ ਦਿੱਤਾ ਜਾਣਾ ਚਾਹੀਦਾ ਹੈ, ਜੋ ਸਮਾਜ ਲਈ ਲਾਹੇਵੰਦ ਹੋਣ।
Mohali
ਰਾਜੋਆਣਾ ਦੀ ਫਾਂਸੀ ਦੇ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਵਾਲੀ ਪਟੀਸ਼ਨ ਦਾ ਕੇਂਦਰ ਸਰਕਾਰ ਵਲੋਂ ਵਿਰੋਧ ਕਰਨ ਨਾਲ ਭਾਜਪਾ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਹੋਇਆ : ਪਰਮਜੀਤ ਸਿੰਘ ਕਾਹਲੋਂ
ਐਸ ਏ ਐਸ ਨਗਰ, 27 ਨਵੰਬਰ (ਸ.ਬ.) ਪੰਥਕ ਆਗੂ ਅਤੇ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੇ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਪੀਲ ਉੱਤੇ ਸੁਪਰੀਮ ਕੋਰਟ ਵਿਖੇ ਵਿਰੋਧ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ।
ਇਸ ਸੰਬੰਧੀ ਗੱਲ ਕਰਦਿਆਂ ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੰਦਰਾ ਗਾਂਧੀ ਦੇ ਪਦ ਚਿੰਨਾਂ ਤੇ ਚਲਦਿਆਂ ਸਿੱਖਾਂ ਨੂੰ ਸਬਕ ਸਿਖਾਉਣ ਵਾਲੀ ਨੀਤੀ ਤੇ ਚਲ ਰਹੇ ਹਨ। ਉਹਨਾਂ ਕਿਹਾ ਕਿ ਸਿੱਖਾਂ ਦੇ ਸਰਬਉੱਚ ਸਥਾਨ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹਦਾਇਤ ਕਰਕੇ ਸੁਪਰੀਮ ਕੋਰਟ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੇ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਵਾਲੀ ਅਪੀਲ ਪਵਾਈ ਸੀ ਜਿਸ ਦਾ ਭਾਜਪਾ ਸਰਕਾਰ ਵਲੋਂ ਵਿਰੋਧ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖਾਂ ਦੀਆਂ ਭਾਵਨਾਵਾਂ ਦਾ ਨਿਰਾਦਰ ਕੀਤਾ ਹੈ ਜਿਸ ਨੂੰ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ।
ਉਹਨਾਂ ਕਿਹਾ ਕਿ ਇੱਕ ਪਾਸੇ ਤਾਂ ਭਾਜਪਾ ਸਰਕਾਰ ਵਲੋਂ ਪਿਛਲੇ 30 ਸਾਲਾਂ ਤੋਂ ਜੇਲ੍ਹ ਵਿੱਚ ਸਜਾ ਕੱਟ ਰਹੇ ਭਾਈ ਬਲਵੰਤ ਸਿੰਘ ਰਾਜੋਾਣਾ ਦੀ ਫਾਂਸੀ ਦੀ ਸਜਾ ਨੂੰ ਉਮਰ ਕੈਦ ਵਿੱਚ ਦਬਦੀਲ ਕਰਨ ਵਾਲੀ ਪਟੀਸ਼ਨ ਦਾ ਵਿਰੋਧ ਕੀਤਾ ਗਿਆ ਹੈ ਅਤੇ ਦੂਜੇ ਪਾਸੇ ਭਾਜਪਾ ਸਰਕਾਰ ਬਲਾਤਕਾਰੀਆਂ ਦੀ ਸਜਾ ਮਾਫ ਕਰਵਾਉਣ ਦੀ ਹਮਾਇਤ ਕਰਦੀ ਹੈ ਜਿਸ ਨਾਲ ਅੰਦਾਜਾ ਲਗਾਇਆ ਜਾ ਸਕਦਾ ਹੈ ਕਿ ਉਸਦੀ ਕਥਨੀ ਅਤੇ ਕਰਨੀ ਵਿੱਚ ਕਿੰਨਾ ਫਰਕ ਹੈ।
ਇਸ ਮੁੱਦੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਚੁੱਪੀ ਦੀ ਨਿਖੇਧੀ ਕਰਦਿਆਂ ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਕੌਮ ਦੀਆਂ ਭਾਵਨਾਵਾਂ ਅਨੁਸਾਰ ਆਪਣਾ ਪੱਖ ਸਪਸ਼ਟ ਕਰਨਾ ਚਾਹੀਦਾ ਹੈ। ਉਹਨਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਿਹਾ ਕਿ ਉਹ ਸਿੱਖ ਕੌਮ ਨੂੰ ਇਸ ਗੱਲ ਦਾ ਜਵਾਬ ਦੇਣ ਕਿ ਉਹ ਸ਼੍ਰੀ ਅਕਾਲ ਤਖਤ ਸਾਹਿਬ ਅਤੇ ਸਿੱਖਾਂ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹਨ ਜਾਂ ਨਿਰਾਦਰ ਕਰਦੇ ਹਨ।
Mohali
‘ਮੇਰਾ ਘਰ ਮੇਰੇ ਨਾਮ’ ਮੁਹਿੰਮ ਨਾਲ ਲੋਕਾਂ ਨੂੰ ਮਿਲ ਰਹੀ ਹੈ ਵੱਡੀ ਰਾਹਤ : ਕੁਲਵੰਤ ਸਿੰਘ
ਤਿੰਨ ਪਿੰਡਾਂ ਦੇ 651 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਸੌਂਪੇ
ਐਸ ਏ ਐਸ ਨਗਰ, 27 ਨਵੰਬਰ (ਸ.ਬ.) ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਹੈ ਕਿ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਲਾਲ ਲਕੀਰ ਦੇ ਅੰਦਰ ਬਣੇ ਘਰਾਂ ਵਿੱਚ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਮਾਲਕੀ ਹੱਕ ਦਸਤਾਵੇਜ਼ੀ ਰੂਪ ਵਿੱਚ ਦਿੱਤੇ ਜਾ ਰਹੇ ਹਨ ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਮੁਹਾਲੀ ਹਲਕੇ ਦੇ ਪਿੰਡਾਂ ਸੈਦਪੁਰ, ਗਿੱਦੜਪੁਰ ਅਤੇ ਸੇਖਣ ਮਾਜਰਾ ਦੇ 651 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਸੌਂਪੇ ਜਾਣ ਮੌਕੇ ਉਹਨਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਨਾ ਸਿਰਫ ਆਪਣੇ ਘਰਾਂ ਦੀ ਮਾਲਕੀ ਦਾ ਕਾਨੂੰਨੀ ਸਬੂਤ ਮਿਲ ਰਿਹਾ ਹੈ ਬਲਕਿ ਹੁਣ ਉਹ ਆਪਣੀ ਜਾਇਦਾਦ ਦੀ ਵਰਤੋਂ ਹੋਰ ਵਿੱਤੀ ਤੇ ਨਿੱਜੀ ਲੋੜਾਂ ਲਈ ਵੀ ਕਰ ਸਕਣਗੇ।
ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਲੋਕਾਂ ਨੂੰ ਲਾਲ ਲਕੀਰ ਦੇ ਘੇਰੇ ਅੰਦਰਲੇ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦਿਵਾਉਣ ਵਿੱਚ ਅਹਿਮ ਭੂਮਿਕਾ ਨਿਭਾਅ ਰਹੀ ਹੈ ਅਤੇ ਪ੍ਰਾਪਰਟੀ ਕਾਰਡਾਂ ਦੇ ਆਧਾਰ ਤੇ ਉਹ ਆਪਣੇ ਕਾਰੋਬਾਰ ਜਾਂ ਹੋਰ ਜ਼ਰੂਰਤਾਂ ਲਈ ਕਰਜ਼ਾ ਪ੍ਰਾਪਤ ਕਰਨ ਦੇ ਵੀ ਯੋਗ ਹੋ ਸਕਣਗੇ।
ਉਨ੍ਹਾਂ ਕਿਹਾ ਕਿ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਮਾਲਕੀ ਹੱਕਾਂ ਨਾਲ ਸਬੰਧਤ ਦਸਤਾਵੇਜ਼ ਘਰ-ਘਰ ਜਾ ਕੇ ਸੌਂਪੇ ਜਾ ਰਹੇ ਹਨ ਅਤੇ ਇਹ ਪ੍ਰਕਿਰਿਆ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਹੈ, ਤਾਂ ਜੋ ਆਮ ਲੋਕਾਂ ਨੂੰ ਆਪਣੇ ਕੰਮਾਂ ਲਈ ਬੇਲੋੜੀਆਂ ਕਾਨੂੰਨੀ ਤੇ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਵਿੱਚ ਨਾ ਉਲਝਣਾ ਪਵੇ।
ਇਸ ਮੌਕੇ ਸਰਪੰਚ ਗੁਰਪ੍ਰੀਤ ਕੌਰ, ਨਰਿੰਦਰ ਸਿੰਘ, ਸਰਪੰਚ ਗਗਨਜੋਤ ਕੌਰ, ਸਤਨਾਮ ਸਿੰਘ, ਬਲਾਕ ਪ੍ਰਧਾਨ ਮੁਖਤਿਆਰ ਸਿੰਘ, ਅਵਤਾਰ ਸਿੰਘ, ਨੰਬਰਦਾਰ ਨਛੱਤਰ ਸਿੰਘ, ਨੰਬਰਦਾਰ ਦਰਬਾਰਾ ਸਿੰਘ, ਨਾਇਬ ਤਹਿਸੀਲਦਾਰ ਰਵਿੰਦਰ ਸਿੰਘ, ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ਮਟੌਰ, ਮਨੌਲੀ ਦੇ ਸਰਪੰਚ ਕੁਲਬੀਰ ਸਿੰਘ, ਮੁਖਤਿਆਰ ਸਿੰਘ, ਗੁਰਪ੍ਰੀਤ ਸਿੰਘ, ਸਰਪੰਚ ਰਜਿੰਦਰ ਸਿੰਘ, ਝਿਊਰਹੇੜੀ ਦੇ ਸਰਪੰਚ ਕਰਮਜੀਤ ਕੁਮਾਰ ਬਿੱਟੂ, ਸਿਆਊ ਦੇ ਸਰਪੰਚ ਰਾਜਿੰਦਰ ਸਿੰਘ, ਗਿੱਦੜਪੁਰ ਦੀ ਸਰਪੰਚ ਅਮਨਦੀਪ ਕੌਰ, ਧਰਮਿੰਦਰ ਸਿੰਘ ਅਤੇ ਸਪਿੰਦਰ ਸਿੰਘ ਹੈਪੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Mohali
2 ਦਸੰਬਰ ਨੂੰ ਜ਼ਿਲ੍ਹੇ ਵਿੱਚ ਆ ਰਹੀ ਸ੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਦੇ ਸਵਾਗਤ ਦੀਆਂ ਤਿਆਰੀਆਂ ਮੁਕੰਮਲ
ਵਾਰਾਣਸੀ ਤੋਂ ਸ਼ੁਰੂ ਹੋ ਕੇ ਖੁਰਾਲਗੜ੍ਹ ਸਾਹਿਬ ਤੱਕ ਜਾਣ ਵਾਲੀ ਸ਼ੋਭਾ ਯਾਤਰਾ ਦਾ ਮੁਹਾਲੀ ਵਿਖੇ ਹੋਵੇਗਾ ਰਾਤ ਦਾ ਠਹਿਰਾਅ
ਐਸ ਏ ਐਸ ਨਗਰ, 27 ਨਵੰਬਰ (ਸ.ਬ.) ਸ੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਰਾਣਸੀ (ਕਾਸ਼ੀ) ਤੋਂ ਸ਼ੁਰੂ ਹੋ ਕੇ ਖੁਰਾਲਗੜ੍ਹ ਸਾਹਿਬ ਤੱਕ ਜਾਣ ਵਾਲੀ ਸ਼ੋਭਾ ਯਾਤਰਾ ਦੇ 2 ਦਸੰਬਰ ਨੂੰ ਡੇਰਾਬੱਸੀ-ਜ਼ੀਰਕਪੁਰ ਰਸਤੇ ਰਾਹੀਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਦਾਖਿਲ ਹੋਣ ਮੌਕੇ ਯਾਤਰਾ ਦੇ ਸੁਵਾਗਤ ਅਤੇ ਮੁਹਾਲੀ ਵਿਖੇ ਰਾਤ ਦਾ ਠਹਿਰਾਅ ਸੰਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆ ਹਨ। ਇਹ ਸ਼ੋਭਾ ਯਾਤਰਾ 3 ਦਸੰਬਰ ਨੂੰ ਜ਼ਿਲ੍ਹਾ ਰੂਪਨਗਰ ਲਈ ਰਵਾਨਾ ਹੋਵੇਗੀ।
ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ੋਭਾ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਸਰਵਉੱਚ ਤਰਜੀਹ ਦਿੱਤੀ ਜਾਵੇ ਅਤੇ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ।
ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਬਾਰੇ ਵਿਸਥਾਰ ਨਾਲ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਆਪਣੀਆਂ ਡਿਊਟੀਆਂ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਸ਼ੋਭਾ ਯਾਤਰਾ ਦਾ ਸਮੁੱਚਾ ਪ੍ਰਬੰਧ ਸੁਚੱਜੇ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸਬੰਧਤ ਉਪ ਮੰਡਲਾਂ ਵਿੱਚ ਐਸ.ਡੀ.ਐਮ. ਡੇਰਾਬੱਸੀ ਅਮਿਤ ਗੁਪਤਾ, ਐਸ.ਡੀ.ਐਮ. ਮੁਹਾਲੀ ਦਮਨਦੀਪ ਕੌਰ ਅਤੇ ਐਸ.ਡੀ.ਐਮ. ਖਰੜ ਗੁਰਮੀਤ ਸਿੰਘ ਆਪੋ-ਆਪਣੇ ਖੇਤਰਾਂ ਵਿੱਚ ਸਿਵਲ ਪ੍ਰਬੰਧਾਂ ਦੇ ਇੰਚਾਰਜ ਹੋਣਗੇ। ਐਸ.ਡੀ.ਐਮ. ਮੁਹਾਲੀ ਦਮਨਦੀਪ ਕੌਰ ਨੂੰ ਮੁਹਾਲੀ ਵਿਖੇ ਸ਼ੋਭਾ ਯਾਤਰਾ ਦੇ ਰਾਤ ਦੇ ਠਹਿਰਾਅ ਸਬੰਧੀ ਸਮੁੱਚੇ ਪ੍ਰਬੰਧਾਂ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸ਼ੋਭਾ ਯਾਤਰਾ ਦੇ ਰੂਟ ਅਤੇ ਰੁਕਣ ਵਾਲੀਆਂ ਥਾਵਾਂ ਤੇ ਭੀੜ ਦੇ ਸੁਚੱਜੇ ਪ੍ਰਬੰਧਨ, ਬੈਰੀਕੇਡਿੰਗ, ਸਾਈਨੇਜ ਅਤੇ ਵਲੰਟੀਅਰਾਂ ਦੀ ਤਾਇਨਾਤੀ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਸੜਕਾਂ ਦੀ ਸਫ਼ਾਈ, ਲੋੜੀਂਦੀ ਮੁਰੰਮਤ, ਰੂਟਾਂ ਦਾ ਨਿਰੀਖਣ ਅਤੇ ਕਲੀਅਰੈਂਸ, ਨਿਸ਼ਾਨਦੇਹੀ, ਪਾਣੀ ਦਾ ਛਿੜਕਾਅ, ਸਟਰੀਟ ਲਾਈਟਾਂ ਦੀ ਕਾਰਜਸ਼ੀਲਤਾ ਅਤੇ ਦਰੱਖਤਾਂ ਦੀ ਛੰਗਾਈ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਤੋਂ ਇਲਾਵਾ ਸੰਗਤਾਂ ਲਈ ਲੰਗਰ, ਪੀਣ ਵਾਲੇ ਪਾਣੀ, ਪਖਾਨਿਆਂ ਅਤੇ ਰਾਤ ਦੇ ਠਹਿਰਾਅ ਦੇ ਢੁੱਕਵੇਂ ਪ੍ਰਬੰਧ ਕਰਨ, ਮੱਛਰਾਂ ਦੀ ਰੋਕਥਾਮ ਲਈ ਫੌਗਿੰਗ, ਸੀਵਰੇਜ ਦੀ ਜਾਂਚ, ਸਫ਼ਾਈ ਅਤੇ ਸੈਨੀਟੇਸ਼ਨ, ਬਿਜਲੀ ਅਤੇ ਰੌਸ਼ਨੀ ਦੇ ਪੁਖ਼ਤਾ ਪ੍ਰਬੰਧ ਕਰਨ ਲਈ ਕਿਹਾ। ਉਨ੍ਹਾਂ ਟ੍ਰੈਫਿਕ ਪ੍ਰਬੰਧਨ, ਪਾਰਕਿੰਗ ਸਹੂਲਤਾਂ, ਸਿਵਲ ਅਤੇ ਪੁਲੀਸ ਕੰਟਰੋਲ ਰੂਮ ਸਥਾਪਤ ਕਰਨ, ਐਂਬੂਲੈਂਸਾਂ, ਫਸਟ-ਏਡ ਪੋਸਟਾਂ, ਫੂਡ ਸੇਫ਼ਟੀ ਟੀਮਾਂ ਅਤੇ ਫਾਇਰ ਬ੍ਰਿਗੇਡ ਦੀ ਤਾਇਨਾਤੀ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ।
ਉਨ੍ਹਾਂ ਕਿਹਾ ਕਿ ਸ਼ੋਭਾ ਯਾਤਰਾ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਲੋੜੀਂਦੀ ਪੁਲੀਸ ਫੋਰਸ, ਡਿਊਟੀ ਮੈਜਿਸਟਰੇਟ ਅਤੇ ਵੱਖ-ਵੱਖ ਸੈਕਟਰ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਜਾਵੇਗੀ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਸੇਵਾ ਦੀ ਭਾਵਨਾ ਨਾਲ ਡਿਊਟੀ ਨਿਭਾਉਣ ਅਤੇ ਸ਼ਰਧਾਲੂਆਂ ਦੀ ਸਹੂਲਤ ਨੂੰ ਪਹਿਲ ਦੇਣ ਲਈ ਕਿਹਾ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਮਨ ਮੜਕਣ, ਐਸ.ਡੀ.ਐਮ. ਡੇਰਾਬੱਸੀ ਅਮਿਤ ਗੁਪਤਾ, ਐਸ.ਡੀ.ਐਮ. ਖਰੜ ਗੁਰਮੀਤ ਸਿੰਘ, ਐਸ ਪੀ ਰਮਨਦੀਪ ਸਿੰਘ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਤੋਂ ਇਲਾਵਾ ਹੋਰ ਸੀਨੀਅਰ ਸਿਵਲ ਅਤੇ ਪੁਲੀਸ ਅਧਿਕਾਰੀ ਵੀ ਹਾਜ਼ਰ ਸਨ।
-
International1 month agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International2 months ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International2 months agoਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਮਿਲਟਰੀ ਬੇਸ ਤੇ ਅੱਗ ਲੱਗਣ ਕਾਰਨ 4 ਫ਼ੌਜੀ ਜਵਾਨ ਸ਼ਹੀਦ, 39 ਜ਼ਖਮੀ
-
International1 month agoਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ
-
Chandigarh2 months ago
ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਹੋਈ ਪਹਿਲੀ ਗ੍ਰਿਫਤਾਰੀ
-
International2 months agoਪਨਾਮਾ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਕਈ ਇਮਾਰਤਾਂ ਢਹਿ ਢੇਰੀ
-
International1 month agoਸਾਊਦੀ ਅਰਬ ਵਿੱਚ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਹਮਲਾ, 1 ਵਿਅਕਤੀ ਦੀ ਮੌਤ, 8 ਗੰਭੀਰ ਜ਼ਖਮੀ
