Connect with us

Editorial

ਮਹਿੰਗਾਈ ਵਿੱਚ ਹੁੰਦੇ ਲਗਾਤਾਰ ਵਾਧੇ ਤੇ ਕਾਬੂ ਕਰਨ ਲਈ ਪਰਚੂਨ ਦੁਕਾਨਦਾਰਾਂ ਦੀ ਮੁਨਾਫਾਖੋਰੀ ਤੇ ਹੋਵੇ ਕਾਬੂ

Published

on

ਲਗਾਤਾਰ ਵੱਧਦੀ ਮਹਿੰਗਾਈ ਪਿਛਲੇ ਡੇਢ ਦਹਾਕੇ ਤੋਂ ਸਾਡੇ ਦੇਸ਼ ਦੀ ਸਭਤੋਂ ਵੱਡੀ ਸਮੱਸਿਆ ਬਣੀ ਹੋਈ ਹੈ ਅਤੇ ਸਾਢੇ ਬਾਰਾਂ ਸਾਲ ਪਹਿਲਾਂ ਮਹਿੰਗਾਈ ਦੇ ਮੁੱਦੇ ਤੇ ਦੇਸ਼ ਵਾਸੀਆਂ ਦੀਆਂ ਵੋਟਾਂ ਲੈ ਕੇ ਕੇਂਦਰ ਦੀ ਸੱਤਾ ਸੰਭਾਲਣ ਵਾਲੀ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸਰਕਾਰ ਆਪਣੇ ਪਹਿਲੇ ਤੋਂ ਲੈ ਕੇ ਤੀਜੇ ਕਾਰਜਕਾਲ ਦੌਰਾਨ ਲਗਾਤਾਰ ਵੱਧਦੀ ਮਹਿੰਗਾਈ ਤੇ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ ਇਸ ਦੌਰਾਨ ਇਸ ਸਰਕਾਰ ਵਲੋਂ ਮਹਿੰਗਾਈ ਤੇ ਕਾਬੂ ਕਰਨ ਲਈ ਠੋਸ ਕਾਰਵਾਈ ਕਰਨ ਦੇ ਦਾਅਵੇ ਤਾਂ ਬਹੁਤ ਕੀਤੇ ਜਾਂਦੇ ਰਹੇ ਹਨ ਪਰੰਤੂ ਜਮੀਨੀ ਹਕੀਕਤ ਇਹੀ ਹੈ ਕਿ ਕੇਂਦਰ ਸਰਕਾਰ ਦੇ ਹੁਣ ਤਕ ਦੇ (ਸਾਢੇ 12 ਸਾਲ ਦੇ) ਕਾਰਜਕਾਲ ਦੌਰਾਨ ਲੋਕਾਂ ਦੀ ਆਮ ਵਰਤੋਂ ਦੇ ਸਾਮਾਨ ਦੀ ਕੀਮਤ ਕਈ ਗੁਨਾ ਤਕ ਵੱਧ ਚੁੱਕੀ ਹੈ।

ਇਸ ਦੌਰਾਨ ਸਰਕਾਰ ਵਲੋਂ ਲਗਾਤਾਰ ਵੱਧਦੀ ਮਹਿੰਗਾਈ ਤੇ ਕਾਬੂ ਤਾਂ ਕੀ ਕੀਤਾ ਜਾਣਾ ਸੀ ਉਸ ਵਲੋਂ ਉਲਟਾ ਇਸਨੂੰ ਹੋਰ ਵਧਾਉਣ ਵਿੱਚ ਵੀ ਭਾਰੀ ਯੋਗਦਾਨ ਦਿੱਤਾ ਜਾਂਦਾ ਰਿਹਾ ਹੈ। ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਪੈਟਰੋਲ, ਡੀਜਲ ਅਤੇ ਰਸੋਈ ਗੈਸ ਵਰਗੇ ਜਰੂਰੀ ਸਾਮਾਨ ਦੀ ਕੀਮਤ ਦੋ ਗੁਨਾ ਤਕ ਵਧਾ ਦਿੱਤੀ ਗਈ ਹੈ ਜਿਸ ਕਾਰਨ ਹਰ ਵਸਤੂ ਮਹਿੰਗੀ ਅਤੇ ਹੋਰ ਮਹਿੰਗੀ ਹੁੰਦੀ ਰਹੀ ਹੈ। ਹਾਲਾਤ ਇਹ ਹਨ ਕਿ ਲਗਾਤਾਰ ਵੱਧਦੀ ਅਤੇ ਆਰਥਿਕ ਤੰਗੀ ਦਾ ਸਾਮ੍ਹਣਾ ਕਰ ਰਹੇ ਆਮ ਲੋਕਾਂ ਲਈ ਆਪਣਾ ਘਰ ਚਲਾਉਣਾ ਵੀ ਔਖਾ ਹੋ ਗਿਆ ਹੈ। ਪਿਛਲੇ ਸਮੇਂ ਦੌਰਾਨ ਲੋਕਾਂ ਦੀ ਰੋਜਾਨਾ ਵਰਤੋਂ ਦਾ ਜਿਆਦਾਤਰ ਸਾਮਾਨ ਲਗਾਤਾਰ ਮਹਿੰਗਾ ਅਤੇ ਹੋਰ ਮਹਿੰਗਾ ਹੁੰਦਾ ਰਿਹਾ ਹੈ ਅਤੇ ਲੋਕਾਂ ਨੂੰ ਮਹਿੰਗਾਈ ਦੀ ਭਾਰੀ ਮਾਰ ਝੱਲਣੀ ਪੈ ਰਹੀ ਹੈ।

ਵੈਸੇ ਵੀ ਸਾਡੇ ਦੇਸ਼ ਵਿੱਚ ਬੇਰੁਜਗਾਰੀ ਦੇ ਅੰਕੜੇ ਪਿਛਲੇ 50 ਸਾਲਾਂ ਦੇ ਸਭਤੋਂ ਉੱਚੇ ਪੱਧਰ ਤੇ ਜਾ ਚੁੱਕੇ ਹਨ ਅਤੇ ਸਰਕਾਰ ਦੇ ਆਪਣੇ ਅੰਕੜਿਆਂ ਅਨੁਸਾਰ ਦੇਸ਼ ਦੇ 80 ਕਰੋੜ ਤੋਂ ਵੱਧ ਲੋਕ (ਜਿਹਨਾਂ ਨੂੰ ਖੁਦ ਸਰਕਾਰ ਵਲੋਂ ਹਰ ਮਹੀਨੇ ਮੁਫਤ ਅਨਾਜ ਦਿੱਤਾ ਜਾਂਦਾ ਹੈ) ਗਰੀਬੀ ਰੇਖਾ ਤੋਂ ਹੇਠਾਂ ਜੀਵਨ ਬਿਤਾਉਣ ਲਈ ਮਜਬੂਰ ਹਨ। ਅਜਿਹੇ ਵਿੱਚ ਮਹਿਗਾਈ ਵਿੱਚ ਹੁੰਦੇ ਲਗਾਤਾਰ ਵਾਧੇ ਨੇ ਆਮ ਲੋਕਾਂ ਦਾ ਕਚੂਮਰ ਕੱਢ ਦਿੱਤਾ ਦਿੱਤਾ ਹੈ ਅਤੇ ਲਗਾਤਾਰ ਵੱਧਦੀ ਮਹਿੰਗਾਈ ਇਸ ਵੇਲੇ ਸਾਡੇ ਦੇਸ਼ ਦੀ ਸਭ ਤੋਂ ਅਹਿਮ ਸਮੱਸਿਆ ਬਣੀ ਹੋਈ ਹੈ। ਇਸ ਦੌਰਾਨ ਆਮ ਲੋਕਾਂ ਦੀ ਵਰਤੋਂ ਵਿੱਚ ਆਉਣ ਵਾਲੇ ਹਰ ਛੋਟੇ ਵੱਡੇ ਸਾਮਾਨ ਜਿਵੇਂ ਰਾਸ਼ਨ, ਸਬਜੀਆਂ, ਫਲ, ਡੇਅਰੀ ਉਤਪਾਦ, ਕਿਤਾਬਾਂ, ਦਵਾਈਆਂ, ਕਪੜੇ, ਮਿਠਾਈਆਂ, ਮਕਾਨ ਉਸਾਰੀ ਦੇ ਸਮਾਨ ਸਮੇਤ ਹਰ ਤਰ੍ਹਾਂ ਦੇ ਸਾਮਾਨ ਦੀ ਕੀਮਤ ਲਗਾਤਾਰ ਵੱਧਦੀ ਰਹੀ ਹੈ ਅਤੇ ਕੇਂਦਰ ਸਰਕਾਰ ਦੇ ਤਮਾਮ ਦਾਅਵਿਆਂ ਦੇ ਬਾਵਜੂਦ ਨਾ ਤਾਂ ਸਬਜੀਆਂ ਅਤੇ ਫਲਾਂ ਦੇ ਦਾਮ ਘੱਟ ਹੋਏ ਹਨ, ਨਾ ਹੀ ਰਾਸ਼ਨ ਦਾ ਸਾਮਾਨ ਸਸਤਾ ਹੋਇਆ ਹੈ ਜਿਸ ਕਾਰਣ ਆਮ ਆਦਮੀ ਨੂੰ ਗੁਜਾਰਾ ਚਲਾਉਣ ਲਈ ਵੀ ਕਰਜੇ ਲੈਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਇਸ ਦੌਰਾਨ ਕੇਂਦਰ ਸਰਕਾਰ ਵਲੋਂ ਭਾਵੇਂ ਸਮੇਂ ਸਮੇਂ ਤੇ ਮਹਿੰਗਾਈ ਤੇ ਕਾਬੂ ਕਰਨ ਲਈ ਕਾਰਵਾਈ ਕਰਨ ਦੇ ਲੰਬੇ ਚੌੜੇ ਦਾਅਵੇ ਕੀਤੇ ਜਾਂਦੇ ਰਹੇ ਹਨ ਅਤੇ ਸਰਕਾਰ ਦੇ ਅੰਕੜਿਆਂ ਵਿੱਚ ਕਦੇ ਕਦਾਰ ਮਹਿੰਗਾਈ ਦਰ ਵਿੱਚ ਕਟੌਤੀ ਵੀ ਹੁੰਦੀ ਦਿਖਦੀ ਹੈ ਪਰੰਤੂ ਆਮ ਆਦਮੀ ਨੂੰ (ਸਰਕਾਰ ਦੇ ਅੰਕੜਿਆਂ ਅਨੁਸਾਰ) ਮਹਿੰਗਾਈ ਵਿੱਚ ਹੋਈ ਕਿਸੇ ਤਰ੍ਹਾਂ ਦੀ ਕਟੌਤੀ ਕਿਤੇ ਨਜਰ ਨਹੀਂ ਆਉਂਦੀ। ਕੇਂਦਰ ਸਰਕਾਰ ਦਾਅਵੇ ਕਰਦੀ ਹੈ ਕਿ ਮਹਿੰਗਾਈ ਦਰ ਦਾ ਅੰਕੜਾ ਆਪਣੇ ਹੁਣ ਤਕ ਦੇ ਸਭ ਤੋਂ ਉੱਚੇ ਪੱਧਰ ਤੋਂ ਕਾਫੀ ਹੇਠਾਂ ਹੈ ਪਰੰਤੂ ਅਸਲੀਅਤ ਇਹੀ ਹੈ ਕਿ ਮਹਿੰਗਾਈ ਦਰ ਵਿਚਲੀ ਇਹ ਕਟੌਤੀ ਸਿਰਫ ਅਕੰੜਿਆਂ ਤਕ ਹੀ ਸੀਮਿਤ ਹੈ ਜਿਹੜੀ ਆਮ ਲੋਕਾਂ ਨੂੰ ਕਿਤੇ ਨਜਰ ਨਹੀਂ ਆਉਂਦੀ। ਇਸਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਮਹਿੰਗਾਈ ਤੇ ਕਾਬੂ ਕਰਨ ਲਈ ਸਰਕਾਰ ਵਲੋਂ ਜਿਹੜੀ ਕਾਰਵਾਈ ਕੀਤੀ ਵੀ ਜਾਂਦੀ ਹੈ ਉਹ ਵੀ ਵੱਖ ਵੱਖ ਵਸਤੂਆਂ ਦੀ ਥੋਕ ਕੀਮਤ ਦੇ ਅੰਕੜੇ ਤਕ ਹੀ ਸੀਮਿਤ ਰਹਿੰਦੀ ਹੈ ਅਤੇ ਖੁਦਰਾ ਬਾਜਾਰ ਵਿੱਚ ਵਿਕਣ ਵਾਲੇ ਸਾਮਾਨ ਦੀ ਕੀਮਤ ਤੈਅ ਕਰਨ ਲਈ ਸਰਕਾਰ ਵਲੋਂ ਕੁੱਝ ਵੀ ਨਹੀਂ ਕੀਤਾ ਜਾਂਦਾ, ਜਦੋਂਕਿ ਆਮ ਲੋਕਾਂ ਨੇ ਤਾਂ ਖੁਦਰਾ ਬਾਜਾਰ ਤੋਂ ਹੀ ਖਰੀਦਦਾਰੀ ਕਰਨੀ ਹੁੰਦੀ ਹੈ।

ਜੇਕਰ ਸਰਕਾਰ ਵਾਕਈ ਮਹਿੰਗਾਈ ਤੇ ਕਾਬੂ ਕਰਨਾ ਚਾਹੁੰਦੀ ਹੈ ਤਾਂ ਉਸਨੂੰ ਸਭਤੋਂ ਪਹਿਲਾਂ ਖੁਦਰਾ ਪਰਚੂਨ ਬਾਜਾਰ ਦੇ ਦੁਕਾਨਦਾਰਾਂ ਦੀ ਮੁਨਾਫਾਖੋਰੀ ਤੇ ਕਾਬੂ ਕਰਨਾ ਚਾਹੀਦਾ ਹੈ। ਇਸ ਕਾਰਵਾਈ ਦੇ ਤਹਿਤ ਜਿੱਥੇ ਆਮ ਆਦਮੀ ਨੂੰ ਰਾਹਤ ਦੇਣ ਲਈ ਹਰ ਤਰ੍ਹਾਂ ਦੇ ਸਾਮਾਨ ਦੀਆਂ ਖੁਦਰਾ ਕੀਮਤਾਂ ਤੈਅ ਕੀਤੀਆਂ ਜਾਣੀਆਂ ਚਾਹੀਦੀਆਂ ਹਨ, ਉੱਥੇ ਪਰਚੂਨ ਦੁਕਾਨਦਾਰਾਂ ਲਈ ਇਹ ਜਰੂਰੀ ਕੀਤਾ ਜਾਣਾ ਚਾਹੀਦਾ ਹੈ ਕਿ ਉਹ ਸਰਕਾਰ ਵਲੋਂ ਤੈਅ ਕੀਤੀਆਂ ਗਈਆਂ ਜਰੂਰੀ ਸਾਮਾਨ ਦੀਆਂ ਦਰਾਂ ਦੀ ਸੂਚੀ ਵਾਲਾ ਬੋਰਡ ਲਗਾ ਕੇ ਰੱਖਣ। ਇਸਦੇ ਨਾਲ ਨਾਲ ਸਰਕਾਰ ਵਲੋਂ ਸੁਪਰ ਬਾਜਾਰ ਵਾਂਗ ਵਿਸ਼ੇਸ਼ ਦੁਕਾਨਾਂ ਖੋਲ੍ਹ ਕੇ ਆਮ ਜਨਤਾ ਨੂੰ ਵਾਜਿਬ ਕੀਮਤ ਤੇ ਜਰੂਰੀ ਵਸਤੂਆਂ ਮੁਹਈਆ ਕਰਵਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਤਾਂ ਹੀ ਮਿਲੇਗੀ ਜੇਕਰ ਉਹਨਾਂ ਨੂੰ ਸਸਤੀ ਕੀਮਤ ਤੇ ਸਾਮਾਨ ਮਿਲੇਗਾ ਅਤੇ ਇਸ ਵਾਸਤੇ ਸਰਕਾਰ ਨੂੰ ਤੁਰੰਤ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ।

Continue Reading

Editorial

ਸੂਬੇ ਦੀ ਪੁਲੀਸ ਫੋਰਸ ਦੀ ਕਾਰਗੁਜਾਰੀ ਵਿੱਚ ਸੁਧਾਰ ਲਈ ਕਦਮ ਚੁੱਕੇ ਜਾਣੇ ਜਰੂਰੀ

Published

on

By

ਪੰਜਾਬ ਦੀ ਸੱਤਾ ਤੇ ਕਾਬਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਕਾਰਜਕਾਲ ਖਤਮ ਹੋਣ ਵੱਲ ਵੱਧ ਰਿਹਾ ਹੈ ਅਤੇ ਮੌਜੂਦਾ ਸਰਕਾਰ ਵਲੋਂ ਭਾਵੇਂ ਆਪਣੇ ਹੁਣ ਤਕ ਦੇ ਕਾਰਜਕਾਲ ਦੌਰਾਨ ਸੂਬੇ ਦੀ ਜਨਤਾ ਨੂੰ ਸਾਫ ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸ਼ਨ ਮੁਹਈਆ ਕਰਵਾਉਣ ਦੇ ਲੰਬੇ ਚੌੜੇ ਦਾਅਵੇ ਕੀਤੇ ਜਾਂਦੇ ਰਹੇ ਹਨ ਪਰੰਤੂ ਸੂਬੇ ਦੀ ਜਨਤਾ ਸਰਕਾਰ ਦੇ ਦਾਅਵਿਆਂ ਨਾਲ ਸੰਤੁਸ਼ਟ ਨਹੀਂ ਦਿਖਦੀ। ਇਸ ਸੰਬੰਧੀ ਜੇਕਰ ਆਮ ਲੋਕਾਂ ਨਾਲ ਗੱਲ ਕੀਤੀ ਜਾਵੇ ਤਾਂ ਉਹਨਾਂ ਦਾ ਕਹਿਣਾ ਹੁੰਦਾ ਹੈ ਕਿ ਪੰਜਾਬ ਵਿੱਚ ਸੱਤਾ ਦੀ ਤਬਦੀਲੀ ਹੋਣ ਤੋਂ ਬਾਅਦ ਵੀ ਸਰਕਾਰ ਦੀ ਕਾਰਗੁਜਾਰੀ ਵਿੱਚ ਕੋਈ ਖਾਸ ਫਰਕ ਨਹੀਂ ਪਿਆ ਹੈ। ਇਸ ਦੌਰਾਨ ਜੇਕਰ ਸੂਬੇ ਦੀ ਪੁਲੀਸ ਫੋਰਸ ਦੀ ਕਾਰਗੁਜਾਰੀ ਦੀ ਗੱਲ ਕੀਤੀ ਜਾਵੇ ਤਾਂ ਇਹ ਗੱਲ ਆਮ ਆਖੀ ਜਾਂਦੀ ਹੈ ਸਰਕਾਰ ਭਾਵੇਂ ਕੁੱਝ ਵੀ ਦਾਅਵੇ ਕਰੇ ਪਰੰਤੂ ਨਵੀਂ ਸਰਕਾਰ ਦੇ ਕਾਰਜਕਾਲ ਦੌਰਾਨ ਪੁਲੀਸ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਸੂਬੇ ਦੀ ਜਨਤਾ ਨਾਲ ਕੀਤੇ ਜਾਣ ਵਾਲੇ ਦੁਰਵਿਵਹਾਰ ਅਤੇ ਧੱਕੇਸ਼ਾਹੀਆਂ ਦੀਆਂ ਸ਼ਿਕਾਇਤਾਂ ਪਹਿਲਾਂ ਨਾਲੋਂ ਵੀ ਵੱਧ ਗਈਆਂ ਹਨ ਅਤੇ ਸਰਕਾਰ ਵਲੋਂ ਪੁਲੀਸ ਫੋਰਸ ਨੂੰ ਜਵਾਬਦੇਹ ਬਣਾਉਣ ਦੀ ਥਾਂ ਉਲਟਾ ਮਨਮਰਜੀਆਂ ਕਰਨ ਦੀ ਛੂਟ ਦੀ ਦਿੱਤੀ ਗਈ ਹੈ।

ਲੋਕਾਂ ਦੀ ਇਹ ਸ਼ਿਕਾਇਤ ਵੀ ਪਹਿਲਾਂ ਵਾਂਗ ਹੀ ਚਲਦੀ ਆ ਰਹੀ ਹੈ ਕਿ ਪੁਲੀਸ ਫੋਰਸ ਵਲੋਂ ਖੁਦ ਨੂੰ ਕਿਸੇ ਵੀ ਕਾਇਦੇ ਕਾਨੂੰਨ ਤੋਂ ਉੱਪਰ ਸਮਝਦਿਆਂ ਮਨਮਰਜੀ ਨਾਲ ਕਾਰਵਾਈ ਕਰਨ ਵੇਲੇ ਖੁਦ ਹੀ ਕਾਨੂੰਨ ਦੀ ਉਲੰਘਣਾ ਦੀਆਂ ਕਾਰਵਾਈਆਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਨਵੀਂ ਸਰਕਾਰ ਦੇ ਕਾਰਜਕਾਲ ਦੌਰਾਨ ਇੰਨਾ ਕੁ ਫਰਕ ਜਰੂਰ ਪਿਆ ਹੈ ਕਿ ਪਿਛਲੀ ਸਰਕਾਰ ਦੌਰਾਨ ਜਿੱਥੇ ਆਮ ਆਦਮੀ ਪਾਰਟੀ ਸਮੇਤ ਹੋਰਨਾਂ ਵਿਰੋਧੀ ਪਾਰਟੀਆਂ ਦੇ ਆਗੂ ਅਤੇ ਵਰਕਰ ਪੁਲੀਸ ਵਲੋਂ ਕੀਤੀ ਜਾਂਦੀ ਧੱਕੇਸ਼ਾਹੀ ਦੀ ਸ਼ਿਕਾਇਤ ਕਰਦੇ ਦਿਖਦੇ ਸਨ, ਉੱਥੇ ਹੁਣ ਉਹਨਾਂ ਦੀ ਥਾਂ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਲੈ ਲਈ ਹੈ।

ਇਸ ਦੌਰਾਨ ਇਹ ਗੱਲ ਵੀ ਆਮ ਆਖੀ ਜਾਂਦੀ ਹੈ ਕਿ ਸੱਤਾ ਤੇ ਕਾਬਿਜ ਸਿਆਸੀ ਆਗੂਆਂ ਵਲੋਂ ਪੁਲੀਸ ਫੋਰਸ ਦੀ ਤਾਕਤ ਨੂੰ ਆਪਣੇ ਫਾਇਦੇ ਲਈ ਵਰਤਣ ਦੇ ਰੁਝਾਨ ਨੇ ਪੁਲੀਸ ਫੋਰਸ ਦੀ ਮਾਨਸਿਕਤਾ ਤੇ ਡੂੰਘਾ ਅਸਰ ਪਾਇਆ ਹੈ ਅਤੇ ਜਿਆਦਾਤਰ ਪੁਲੀਸ ਅਧਿਕਾਰੀ ਅਤੇ ਕਰਮਚਾਰੀ ਖੁਦ ਨੂੰ ਜਨਤਾ ਦਾ ਸੇਵਕ ਸਮਝਣ ਦੀ ਥਾਂ ਸ਼ਾਸ਼ਕ ਸਮਝਦੇ ਹਨ। ਸ਼ਾਇਦ ਇਸੇ ਦਾ ਨਤੀਜਾ ਹੈ ਕਿ ਸਾਡੇ ਜਿਆਦਾਤਰ ਪੁਲੀਸ ਅਧਿਕਾਰੀਆਂ ਅਤੇ ਕਰਮਚਾਰੀਆਂ ਉੱਪਰ ਇਹ ਮਾਨਸਿਕਤਾ ਕਾਫੀ ਹੱਦ ਤਕ ਹਾਵੀ ਹੋ ਚੁੱਕੀ ਹੈ ਕਿ ਜਨਤਾ ਨੂੰ ਡੰਡੇ ਦੇ ਜੋਰ ਨਾਲ ਜਿੱਧਰ ਮਰਜੀ ਹੱਕਿਆ ਜਾ ਸਕਦਾ ਹੈ।

ਪੁਲੀਸ ਫੋਰਸ ਦਾ ਗਠਨ ਇਸ ਲਈ ਹੁੰਦਾ ਹੈ ਕਿ ਉਹ ਕਿਸੇ ਵੀ ਮੁਸੀਬਤ ਦੇ ਸਮੇਂ ਆਮ ਲੋਕਾਂ ਦੀ ਮਦਦ ਕਰਨ ਲਈ ਤਿਆਰ ਬਰ ਤਿਆਰ ਰਹੇ। ਪਰੰਤੂ ਜੇਕਰ ਖੁਦ ਪੁਲੀਸ ਫੋਰਸ ਹੀ ਆਮ ਲੋਕਾਂ ਲਈ ਮੁਸੀਬਤ ਬਣ ਜਾਏ ਤਾਂ ਇਸ ਕਾਰਨ ਆਮ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਅੰਦਾਜਾ ਆਸਾਨੀ ਨਾਲ ਲਗਾਇਆ ਜਾ ਸਕਦਾ ਹੈ। ਹਾਲਾਂਕਿ ਅਜਿਹਾ ਵੀ ਨਹੀਂ ਹੈ ਕਿ ਪੂਰੀ ਪੁਲੀਸ ਫੋਰਸ ਦਾ ਰਵਈਆ ਅਜਿਹਾ ਹੀ ਹੈ ਅਤੇ ਪੁਲੀਸ ਫੋਰਸ ਵਿੱਚ ਚੰਗੇ ਅਤੇ ਇਮਾਨਦਾਰ ਅਫਸਰ ਅਤੇ ਮੁਲਾਜਮ ਵੀ ਮੌਜੂਦ ਹਨ ਅਤੇ ਆਮ ਜਨਤਾ ਪ੍ਰਤੀ ਉਹਨਾਂ ਦਾ ਰਵਈਆ ਵੀ ਬਹੁਤ ਵਧੀਆ ਹੁੰਦਾ ਹੈ। ਪਰੰਤੂ ਅਸਲੀਅਤ ਇਹੀ ਹੈ ਕਿ ਸਾਡੀ ਪੁਲੀਸ ਫੋਰਸ ਦੇ ਵੱਡੀ ਗਿਣਤੀ ਅਧਿਕਾਰੀ ਅਤੇ ਕਰਮਚਾਰੀ ਖੁਦ ਨੂੰ ਕਿਸੇ ਵੀ ਕਾਇਦੇ ਕਾਨੂੰਨ ਤੋਂ ਉੱਪਰ ਸਮਝਦੇ ਹਨ।

ਸਵਾਲ ਇਹ ਹੈ ਕਿ ਇਸ ਸਾਰੇ ਕੁੱਝ ਲਈ ਆਖਿਰ ਕਿਸਨੂੰ ਜਿੰਮੇਵਾਰ ਠਹਿਰਾਇਆ ਜਾਵੇ? ਕੀ ਇਹ ਕਿਹਾ ਜਾਵੇ ਕਿ ਪੁਲੀਸ ਦੀ ਮੁੱਢਲੀ ਟ੍ਰੇਨਿੰਗ ਵਿੱਚ ਹੀ ਅਜਿਹੀਆਂ ਖਾਮੀਆਂ ਹਨ ਜਿਸ ਕਾਰਨ ਕਈ ਵਾਰ ਸਾਡੇ ਪੁਲੀਸ ਅਧਿਕਾਰੀ ਅਤੇ ਕਰਮਚਾਰੀ ਆਮ ਲੋਕਾਂ ਦੇ ਰਾਖਿਆਂ ਦੀ ਥਾਂ ਉਲਟਾ ਜਾਲਮ ਦੀ ਭੂਮਿਕਾ ਵਿੱਚ ਆ ਜਾਂਦੇ ਹਨ ਜਾਂ ਫਿਰ ਇਹ ਕਿਹਾ ਜਾਵੇ ਕਿ ਆਪਣੇ ਫਾਇਦੇ ਲਈ ਪੁਲੀਸ ਫੋਰਸ ਦੀ ਵਰਤੋਂ ਕਰਨ ਵਾਲੇ ਸਾਡੇ ਸਿਆਸਤਦਾਨਾਂ ਵਲੋਂ ਪੁਲੀਸ ਫੋਰਸ ਦੀ ਮਾਨਸਿਕਤਾ ਨੂੰ ਹੀ ਗੰਧਲਾ ਕਰ ਦਿੱਤਾ ਗਿਆ ਹੈ। ਕਾਰਨ ਕੁੱਝ ਵੀ ਹੋਵੇ ਪਰੰਤੂ ਇਹਨਾਂ ਹਾਲਾਤਾਂ ਵਿੱਚ ਸੁਧਾਰ ਕੀਤਾ ਜਾਣਾ ਬਹੁਤ ਜਰੂਰੀ ਹੈ।

ਸਰਕਾਰ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਉਸ ਵਲੋਂ ਪੁਲੀਸ ਫੋਰਸ ਦੀ ਆਪਣੇ ਆਪ ਨੂੰ ਸਾਰੇ ਕੁੱਝ ਤੋਂ ਉੱਪਰ ਸਮਝਣ ਦੀ ਮਾਨਸਿਕਤਾ ਤੇ ਕਾਬੂ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾਣ ਅਤੇ ਪੁਲੀਸ ਫੋਰਸ ਨੂੰ ਆਮ ਲੋਕਾਂ ਪ੍ਰਤੀ ਵਧੇਰੇ ਜਵਾਬਦੇਹ ਬਣਾਇਆ ਜਾਵੇ। ਜਨਤਾ ਨੂੰ ਪੁਲੀਸ ਦੇ ਰੁਪ ਵਿੱਚ ਵਰਦੀ ਵਾਲੇ ਗੁੰਡਿਆਂ ਦੀ ਨਹੀਂ ਬਲਕਿ ਅਜਿਹੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਲੋੜ ਹੈ ਜਿਹੜੇ ਮੁਸੀਬਤ ਵੇਲੇ ਉਸਦੀ ਮਦਦ ਕਰਨ। ਇਸ ਲਈ ਜਰੂਰੀ ਹੈ ਕਿ ਪੁਲੀਸ ਫੋਰਸ ਵਿੱਚ ਮੌਜੂਦ ਅਜਿਹੇ ਅਨਸਰਾਂ ਦੇ ਖਿਲਾਫ ਸਖਤ ਰੁੱਖ ਅਪਣਾਇਆ ਜਾਵੇ ਜਿਹੜੇ ਆਪਣੀਆਂ ਕਾਰਵਾਈਆਂ ਨਾਲ ਪੂਰੀ ਪੁਲੀਸ ਫੋਰਸ ਦਾ ਸਿਰ ਝੁਕਾ ਦਿੰਦੇ ਹਨ। ਪੁਲੀਸ ਫੋਰਸ ਨੂੰ ਦੇਸ਼ ਅਤੇ ਸਮਾਜ ਦੇ ਪ੍ਰਤੀ ਜਵਾਬਦੇਹ ਬਣਾਇਆ ਜਾਣਾ ਬਹੁਤ ਜਰੂਰੀ ਹੈ ਤਾਂ ਜੋ ਜਨਤਾ ਨੂੰ ਇੱਕ ਬਿਹਤਰ, ਪਾਰਦਰਸ਼ੀ ਅਤੇ ਸਾਫ ਸੁਥਰਾ ਪ੍ਰਸ਼ਾਸ਼ਨ ਅਤੇ ਪੁਲੀਸ ਹਾਸਿਲ ਹੋਵੇ।

Continue Reading

Editorial

ਪੰਜਾਬ ਦੀ ਰਾਜਨੀਤੀ ਵਿੱਚ ਗੱਠਜੋੜ ਸਿਆਸਤ ਦਾ ਮਹੱਤਵ

Published

on

By

ਪੰਜਾਬ ਦੀ ਸਿਆਸਤ ਵਿੱਚ ਗੱਠਜੋੜ ਰਣਨੀਤੀ ਦੀ ਵੱਡੀ ਮਹੱਤਤਾ ਹੈ। ਇਸ ਦਾ ਕਾਰਨ ਇਹ ਹੈ ਕਿ ਅਕਸਰ ਪੰਜਾਬ ਵਿੱਚ ਸਿਆਸੀ ਹਾਲਾਤ ਅਜਿਹੇ ਬਣ ਜਾਂਦੇ ਹਨ ਕਿ ਕਿਸੇ ਵੀ ਸਿਆਸੀ ਧਿਰ ਲਈ ਇੱਕਲਿਆਂ ਚੋਣਾਂ ਜਿੱਤਣਾ ਮੁਸ਼ਕਿਲ ਹੋ ਜਾਂਦਾ ਹੈ। ਇਸੇ ਕਾਰਨ ਅਕਸਰ ਸਿਆਸੀ ਧਿਰਾਂ ਵੱਖੋ ਵੱਖਰੀਆਂ ਰਹਿਣ ਦੀ ਥਾਂ ਆਪਸ ਵਿੱਚ ਗਠਜੋੜ ਕਰਨ ਨੂੰ ਤਰਜੀਹ ਦਿੰਦੀਆਂ ਹਨ ਅਤੇ ਪੰਜਾਬ ਵਿੱਚ ਵੱਖ ਵੱਖ ਸਿਆਸੀ ਪਾਰਟੀਆਂ ਵਿਚਾਲੇ ਗੱਠਜੋੜ ਦੀ ਸਿਆਸਤ ਦਾ ਰੁਝਾਨ ਜੋਰ ਫੜ ਰਿਹਾ ਹੈ। ਅਕਾਲੀ ਦਲ ਬਾਦਲ ਅਤੇ ਭਾਜਪਾ ਵਿਚਾਲੇ ਹੋਏ ਨਵੇਂ ਸਿਆਸੀ ਗੱਠਜੋੜ ਤੋਂ ਬਾਅਦ ਅਕਾਲੀ ਦਲ ਵਾਰਿਸ ਪੰਜਾਬ ਦੇ, ਅਕਾਲੀ ਦਲ ਪੁਨਰ ਸੁਰਜੀਤ ਅਤੇ ਬਸਪਾ ਵਿਚਾਲੇ ਗੱਠਜੋੜ ਦੀ ਚਰਚਾ ਹੋ ਰਹੀ ਹੈ। ਇਸੇ ਦੌਰਾਨ ਕਾਂਗਰਸ ਵੱਲੋਂ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਖੱਬੇ ਪੱਖੀ ਪਾਰਟੀਆਂ ਨਾਲ ਗੱਠਜੋੜ ਕਰਨ ਦੀ ਗੱਲ ਸਾਹਮਣੇ ਆ ਰਹੀ ਹੈ। ਇਸ ਕਾਰਨ ਹਰ ਪਾਸੇ ਇਸ ਸਮੇਂ ਵੱਖ ਵੱਖ ਸਿਆਸੀ ਪਾਰਟੀਆਂ ਵਿਚਾਲੇ ਸਿਆਸੀ ਗੱਠਜੋੜ ਦੀਆਂ ਗੱਲਾਂ ਹੋ ਰਹੀਆਂ ਹਨ।

ਜਿਹੜੀਆਂ ਸਿਆਸੀ ਪਾਰਟੀਆਂ ਇਸ ਸਮੇਂ ਗੱਠਜੋੜ ਦੀ ਸਿਆਸਤ ਕਰ ਰਹੀਆਂ ਹਨ, ਉਹਨਾਂ ਵਿਚੋਂ ਅਕਾਲੀ ਦਲ ਬਾਦਲ ਅਤੇ ਭਾਜਪਾ ਗਠਜੋੜ ਸਭ ਤੋਂ ਵੱਧ ਧਿਆਨ ਖਿੱਚ ਰਿਹਾ ਹੈ। ਅਸਲੀਅਤ ਤਾਂ ਇਹ ਹੈ ਕਿ ਅਕਾਲੀ ਭਾਜਪਾ ਗਠਜੋੜ ਕਈ ਦਹਾਕਿਆਂ ਪੁਰਾਣਾ ਹੈ ਅਤੇ ਇਹ ਗੱਠਜੋੜ ਸਾਂਝੇ ਰੂਪ ਵਿੱਚ ਕਈ ਵਾਰ ਪੰਜਾਬ ਦੀ ਸੱਤਾ ਦੀ ਵਾਗਡੋਰ ਸੰਭਾਲ ਚੁੱਕਿਆ ਹੈ, ਪਰ 6 ਸਾਲ ਪਹਿਲਾਂ ਕਿਸਾਨ ਅੰਦੋਲਨ ਦੌਰਾਨ ਅਕਾਲੀ ਦਲ ਬਾਦਲ ਨੇ ਭਾਜਪਾ ਨਾਲੋਂ ਨਾਤਾ ਤੋੜ ਲਿਆ ਸੀ ਅਤੇ ਉਸ ਸਮੇਂ ਤੋਂ ਦੋਵੇਂ ਸਿਆਸੀ ਪਾਰਟੀਆਂ ਵੱਖਰੀਆਂ ਵੱਖਰੀਆਂ ਸਰਗਰਮ ਸਨ।

ਗਠਜੋੜ ਟੁੱਟਣ ਤੋਂ ਬਾਅਦ ਦੋਵਾਂ ਹੀ ਸਿਆਸੀ ਪਾਰਟੀਆਂ ਵਿੱਚ ਨਿਘਾਰ ਆ ਰਿਹਾ ਸੀ ਅਤੇ ਭਾਜਪਾ ਭਾਵੇਂ ਕੇਂਦਰ ਸਰਕਾਰ ਅਤੇ ਹੋਰਨਾਂ ਸੂਬਿਆਂ ਵਿੱਚ ਕਾਮਯਾਬ ਹੋ ਕੇ ਛਾ ਗਈ ਪਰ ਪੰਜਾਬ ਵਿੱਚ ਭਾਜਪਾ ਦੀ ਜਿੱਤ ਦੀ ਸੰਭਾਵਨਾ ਘੱਟ ਨਜ਼ਰ ਆ ਰਹੀ ਸੀ। ਦੂਜੇ ਪਾਸੇ ਅਕਾਲੀ ਦਲ ਬਾਦਲ ਵੀ ਆਪਣੇ ਆਪ ਨੂੰ ਇਕੱਲਾ ਸਮਝ ਰਿਹਾ ਸੀ ਜਿਸ ਕਰਕੇ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਵੇਖਦਿਆਂ ਅਕਾਲੀ ਦਲ ਬਾਦਲ ਅਤੇ ਭਾਜਪਾ ਦੇ ਸੀਨੀਅਰ ਆਗੂਆਂ ਵੱਲੋਂ ਦੋਵਾਂ ਸਿਆਸੀ ਪਾਰਟੀਆਂ ਦੇ ਸਾਂਝੇ ਗੱਠਜੋੜ ਦਾ ਐਲਾਨ ਕਰ ਦਿੱਤਾ ਗਿਆ।

ਇਸ ਦੌਰਾਨ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੀ ਜਥੇਬੰਦੀ ‘ਵਾਰਿਸ ਪੰਜਾਬ ਦੇ’, ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਅਤੇ ਬਹੁਜਨ ਸਮਾਜ ਪਾਰਟੀ ਵਿਚਾਲੇ ਚੋਣ ਗੱਠਜੋੜ ਦੀ ਗੱਲ ਨੇ ਸੂਬੇ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਸਿਆਸੀ ਮਾਹਿਰਾਂ ਅਤੇ ਨਿਰੀਖਕਾਂ ਅਨੁਸਾਰ, ਜੇਕਰ ਇਹ ਗੱਠਜੋੜ ਸਿਰੇ ਚੜ੍ਹਦਾ ਹੈ ਤਾਂ ਇਹ ਪੰਜਾਬ ਦੀਆਂ ਰਵਾਇਤੀ ਸਿਆਸੀ ਪਾਰਟੀਆਂ ਕਾਂਗਰਸ, ਆਪ ਅਤੇ ਅਕਾਲੀ-ਭਾਜਪਾ ਗਠਜੋੜ ਲਈ ਵੱਡੀ ਚੁਣੌਤੀ ਖੜ੍ਹੀ ਕਰ ਸਕਦਾ ਹੈ।

ਇਸੇ ਦੌਰਾਨ ਕਾਂਗਰਸ ਅਤੇ ਖੱਬੇ ਪੱਖੀ ਸਿਆਸੀ ਪਾਰਟੀਆਂ ਵਿਚਾਲੇ ਸੰਭਾਵੀ ਗੱਠਜੋੜ ਨੇ ਪੰਜਾਬ ਦੀ ਸਿਆਸਤ ਵਿੱਚ ਹੋਰ ਤੇਜੀ ਲਿਆ ਦਿੱਤੀ ਹੈ। ਕਾਂਗਰਸ ਭਾਵੇਂ ਅੰਦਰੂਨੀ ਫੁੱਟ ਦੀ ਸ਼ਿਕਾਰ ਹੈ ਪਰ ਹਾਈਕਮਾਂਡ ਦੀ ਘੁਰਕੀ ਤੋਂ ਬਾਅਦ ਵੱਡੀ ਗਿਣਤੀ ਕਾਂਗਰਸੀ ਆਗੂ ਇੱਕ ਦੂਜੇ ਪ੍ਰਤੀ ਨਰਮ ਸੁਰ ਰੱਖਣ ਲੱਗ ਪਏ ਹਨ ਅਤੇ ਇਸ ਸਮੇਂ ਪੂਰਾ ਧਿਆਨ ਕਾਂਗਰਸ ਪਾਰਟੀ ਦੇ ਚੋਣ ਪ੍ਰਚਾਰ ਵੱਲ ਲਗਾ ਰਹੇ ਹਨ। ਪੰਜਾਬ ਵਿੱਚ ਕਾਂਗਰਸ ਦਾ ਆਪਣਾ ਆਧਾਰ ਵੀ ਹੈ ਅਤੇ ਸ਼ਹਿਰੀ ਖੇਤਰਾਂ ਵਿੱਚ ਕਾਂਗਰਸ ਦੀਆਂ ਪੱਕੀਆਂ ਵੋਟਾਂ ਅਜੇ ਵੀ ਮੌਜੂਦ ਹਨ। ਜੇ ਅਜਿਹੇ ਸਮੇਂ ਦੌਰਾਨ ਕਾਂਗਰਸ ਅਤੇ ਖੱਬੇ ਪੱਖੀ ਸਿਆਸੀ ਪਾਰਟੀਆਂ ਵਿਚਾਲੇ ਸਿਆਸੀ ਗੱਠਜੋੜ ਹੋ ਜਾਂਦਾ ਹੈ ਤਾਂ ਇਸ ਨਾਲ ਪੰਜਾਬ ਦੀ ਰਾਜਨੀਤੀ ਦੇ ਸਮੀਕਰਨ ਹੋਰ ਵੀ ਬਦਲ ਸਕਦੇ ਹਨ। ਵੇਖਣਾਂ ਇਹ ਹੋਵੇਗਾ ਕਿ ਪੰਜਾਬੀ ਸਿਆਸੀ ਗੱਠਜੋੜਾਂ ਦੀ ਇਸ ਰਾਜਨੀਤੀ ਨੂੰ ਕਿੰਨਾ ਕੁ ਹੁੰਗਾਰਾ ਭਰਦੇ ਹਨ।

ਬਿਊਰੋ

Continue Reading

Editorial

ਰੁਕ ਕਿਉਂ ਨਹੀਂ ਰਿਹਾ ਚਾਈਨਾ ਡੋਰ ਕਾਰਨ ਲੋਕਾਂ ਦੀਆਂ ਜਾਨਾਂ ਜਾਣ ਦਾ ਸਿਲਸਿਲਾ

Published

on

By

ਪਤੰਗ ਦੀ ਡੋਰ ਜਦੋਂ ਮੌਤ ਦਾ ਫੰਦਾ ਬਣ ਜਾਵੇ ਅਤੇ ਸੜਕਾਂ ਤੇ ਆਮ ਲੋਕਾਂ ਦੀ ਜਾਨ ਜਾਣ ਦਾ ਸਿਲਸਿਲਾ ਘਟਣ ਦਾ ਨਾਮ ਨਾ ਲਵੇ ਤਾਂ ਸਵਾਲ ਸਿਰਫ ਇੱਕ ਡੋਰ ਤੇ ਨਹੀਂ ਬਲਕਿ ਸਮੁੱਚੀ ਕਾਨੂੰਨ ਵਿਵਸਥਾ ਤੇ ਖੜ੍ਹਾ ਹੁੰਦਾ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਬਾਰਾਪੁਲਾ ਦੇ ਕੋਲ ਦਿੱਲੀ ਮੁੰਬਈ ਐਕਸਪ੍ਰੈਸਵੇਅ ਤੇ ਹਾਲ ਹੀ ਵਿੱਚ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਪਤੰਗ ਦੀ ਡੋਰ ਨਾਲ ਗਲਾ ਵੱਢੇ ਜਾਣ ਕਾਰਨ ਹੋਈ ਮੌਤ ਵਿਵਸਥਾ ਦੀ ਇਸੇ ਨਾਕਾਮੀ ਨੂੰ ਦਰਸ਼ਾਉਂਦੀ ਹੈ।

ਇਹ ਸਿਰਫ ਇੱਕ ਪਰਿਵਾਰ ਦੀ ਤ੍ਰਾਸਦੀ ਨਹੀਂ ਬਲਕਿ ਜਨਤਕ ਸੁਰੱਖਿਆ ਦੇ ਦਾਅਵਿਆਂ ਤੇ ਲੱਗਿਆ ਗੰਭੀਰ ਸਵਾਲੀਆ ਨਿਸ਼ਾਨ ਹੈ। ਚਾਈਨਾ ਡੋਰ ਦੀ ਵਿਕਰੀ, ਭੰਡਾਰਨ ਅਤੇ ਇਸਤੇਮਾਲ ਤੇ ਪਾਬੰਦੀ ਦੇ ਬਾਵਜੂਦ ਇਸ ਦੀ ਉਪਲਬਧਤਾ ਅਤੇ ਖੁੱਲੇਆਮ ਇਸਤੇਮਾਲ ਦੱਸਦਾ ਹੈ ਕਿ ਸਖਤ ਨਿਯਮ ਸਿਰਫ ਕਾਗਜ਼ਾਂ ਤੱਕ ਹੀ ਸੀਮਤ ਰਹਿੰਦੇ ਹਨ, ਉਹਨਾਂ ਨੂੰ ਜਮੀਨ ਤੇ ਪ੍ਰਭਾਵਿਤ ਤਰੀਕੇ ਨਾਲ ਉਤਾਰਨ ਦੇ ਯਤਨ ਘੱਟ ਹੀ ਨਜ਼ਰ ਆਉਂਦੇ ਹਨ। ਅਜਿਹੇ ਵਿੱਚ ਜਰੂਰੀ ਹੈ ਕਿ ਸਰਕਾਰੀ ਤੰਤਰ ਵਿੱਚ ਹਰ ਪੱਧਰ ਤੇ ਜਵਾਬਦੇਹੀ ਤੈਅ ਕੀਤੀ ਜਾਵੇ ਤਾਂ ਕਿ ਇਸ ਤਰ੍ਹਾਂ ਦੇ ਹਾਦਸਿਆਂ ਤੇ ਪੂਰੀ ਤਰ੍ਹਾਂ ਰੋਕ ਲਗਾਈ ਜਾ ਸਕੇ ।

ਅਹਿਮ ਸਵਾਲ ਇਹ ਹੈ ਕਿ ਜਦੋਂ ਪਤੰਗ ਦੀ ਪਾਬੰਦੀਸ਼ੁਦਾ ਡੋਰ ਦੇ ਖਤਰੇ ਨੂੰ ਹਰ ਕੋਈ ਚੰਗੀ ਤਰ੍ਹਾਂ ਜਾਣਦਾ ਹੈ ਤਾਂ ਫਿਰ ਇਸ ਦੀ ਸਪਲਾਈ ਅਤੇ ਵਿਕਰੀ ਰੋਕਣ ਲਈ ਪ੍ਰਭਾਵੀ ਨਿਗਰਾਨੀ ਦੀ ਵਿਵਸਥਾ ਕਿਉਂ ਨਹੀਂ ਬਣਾਈ ਜਾਂਦੀ? ਦੁਕਾਨਾਂ ਦਾ ਨਿਯਮਿਤ ਤੌਰ ਤੇ ਨਿਰੀਖਣ ਕਿਉਂ ਨਹੀਂ ਕੀਤਾ ਜਾਂਦਾ? ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਵਿਰੁੱਧ ਸਖਤ ਕਾਰਵਾਈ ਕਿਉਂ ਨਹੀਂ ਕੀਤੀ ਜਾਂਦੀ, ਜੋ ਦੂਸਰਿਆਂ ਲਈ ਵੀ ਮਿਸਾਲ ਬਣੇ? ਕੀ ਪ੍ਰਸ਼ਾਸਨ ਦੀ ਨੀਂਦ ਕਿਸੇ ਦੀ ਜਾਨ ਜਾਣ ਤੋਂ ਬਾਅਦ ਹੀ ਖੁੱਲਦੀ ਹੈ।

ਇਸ ਤਰ੍ਹਾਂ ਦੀਆਂ ਘਟਨਾਵਾਂ ਤੇ ਉਦੋਂ ਰੋਕ ਲੱਗ ਸਕੇਗੀ ਜਦੋਂ ਪਤੰਗਬਾਜੀ ਦੇ ਸੁਰੱਖਿਅਤ ਵਿਕਲਪਾਂ ਦੇ ਇਸਤੇਮਾਲ ਨੂੰ ਬੜਾਵਾ ਦੇਣ ਦੇ ਨਾਲ ਚੀਨੀ ਡੋਰ ਦੇ ਸਪਲਾਈ ਕਰਤਾਵਾਂ, ਵਿਕਰੇਤਾਵਾਂ ਅਤੇ ਇਸਤੇਮਾਲ ਕਰਨ ਵਾਲਿਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਸਰਕਾਰ ਨੇ ਇਸ ਡੋਰ ਤੇ ਪਾਬੰਦੀ ਤਾਂ ਲਗਾ ਦਿੱਤੀ ਹੈ ਪਰ ਇਹਨਾਂ ਨਿਯਮਾਂ ਦਾ ਪੂਰੀ ਤਰ੍ਹਾਂ ਪਾਲਣ ਯਕੀਨੀ ਕਰਾਉਣ ਦੀ ਜਰੂਰਤ ਮਹਿਸੂਸ ਨਹੀਂ ਕੀਤੀ ਜਾ ਰਹੀ। ਤ੍ਰਾਸਦੀ ਇਹ ਹੈ ਕਿ ਹਰ ਹਾਦਸੇ ਤੋਂ ਬਾਅਦ ਕੁਝ ਦਿਨਾਂ ਦੀ ਸਖਤੀ ਦਿਖਾਈ ਦਿੰਦੀ ਹੈ ਅਤੇ ਫਿਰ ਸਭ ਕੁਝ ਪਹਿਲਾਂ ਵਰਗਾ ਹੋ ਜਾਂਦਾ ਹੈ।

ਬਿਊਰੋ

Continue Reading

Latest News

Trending