Mohali
ਲੋਕਾਂ ਦੇ ਸਹਿਯੋਗ ਨਾਲ ਸਾਕਾਰ ਹੋਵੇਗਾ ਮੁਹਾਲੀ ਨੂੰ ਸਵੱਛ, ਸੁੰਦਰ ਅਤੇ ਹਰਿਆ ਭਰਿਆ ਬਣਾਉਣ ਦਾ ਟੀਚਾ : ਕੁਲਵੰਤ ਸਿੰਘ
ਸਵੱਛਤਾ ਹੀ ਸੇਵਾ-2026 ਤਹਿਤ ਮੁਹਾਲੀ ਵਿੱਚ ਸਵੱਛਤਾ ਰੈਲੀ ਨੂੰ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 30 ਸਤੰਬਰ (ਸ.ਬ.) ਨਗਰ ਨਿਗਮ ਮੁਹਾਲੀ ਵੱਲੋਂ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਤਹਿਤ ਸੈਕਟਰ-69 ਵਿੱਚ ਵਿਸ਼ਾਲ ਸਵੱਛਤਾ ਰੈਲੀ ਕਰਵਾਈ ਗਈ। ਰੈਲੀ ਨੂੰ ਵਿਧਾਇਕ ਮੁਹਾਲੀ ਸ. ਕੁਲਵੰਤ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਸੈਕਟਰ-69 ਦੀ ਮੁੱਖ ਮਾਰਕੀਟ ਤੋਂ ਸ਼ੁਰੂ ਹੋਈ ਸਵੱਛਤਾ ਰੈਲੀ ਸੈਕਟਰ-69 ਦੀਆਂ ਵੱਖ-ਵੱਖ ਸੜਕਾਂ ਤੋਂ ਹੁੰਦੀ ਹੋਈ ਕਮਿਊਨਿਟੀ ਸੈਂਟਰ-69 ਵਿਖੇ ਪਹੁੰਚੀ, ਜਿੱਥੇ ਮੁੱਖ ਸਮਾਗਮ ਕਰਵਾਇਆ ਗਿਆ।
ਸਵੱਛਤਾ ਰੈਲੀ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ਅਤੇ ਸਫ਼ਾਈ ਤੇ ਵਾਤਾਵਰਣ ਸੰਭਾਲ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਉਣ ਵਿੱਚ ਯੋਗਦਾਨ ਪਾਇਆ। ਇਸ ਮੌਕੇ ‘ਸਵੱਛਤਾ ਪ੍ਰਦਰਸ਼ਨੀ’ ਵੀ ਲਗਾਈ ਗਈ, ਜਿਸ ਵਿੱਚ ਸਫ਼ਾਈ ਅਤੇ ਕੂੜਾ ਪ੍ਰਬੰਧਨ ਨਾਲ ਸਬੰਧਤ ਪ੍ਰਦਰਸ਼ਨੀਆਂ ਦੇ ਨਾਲ ਵਿਸ਼ੇਸ਼ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ। ਨਗਰ ਨਿਗਮ ਵੱਲੋਂ ਸਫ਼ਾਈ ਸੇਵਾਵਾਂ ਵਿੱਚ ਯੋਗਦਾਨ ਪਾਉਣ ਵਾਲੇ ਸਫ਼ਾਈ ਸੈਨਾਨੀਆਂ ਨੂੰ ਦਰਸਾਉਂਦੀਆਂ ਤਖ਼ਤੀਆਂ ਵੀ ਪ੍ਰਦਰਸ਼ਿਤ ਕੀਤੀਆਂ ਗਈਆਂ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨੂੰ ਸ਼ਹਿਰ ਦੀ ਸਫ਼ਾਈ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਨਿਰਧਾਰਤ ਥਾਵਾਂ ਤੇ ਹੀ ਕੂੜਾ ਸੁੱਟਿਆ ਜਾਵੇ ਅਤੇ ਕੂੜੇ ਦੀ ਸਹੀ ਢੰਗ ਨਾਲ ਛਾਂਟੀ ਤੇ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਲੋਕਾਂ ਨੂੰ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ ਦੀ ਵੀ ਅਪੀਲ ਕੀਤੀ।
ਸz. ਕੁਲਵੰਤ ਸਿੰਘ ਨੇ ਕਿਹਾ ਕਿ ਕਿਸੇ ਵੀ ਸਫ਼ਾਈ ਮੁਹਿੰਮ ਦੀ ਸਫ਼ਲਤਾ ਲੋਕਾਂ ਦੇ ਸਹਿਯੋਗ ਤੇ ਨਿਰਭਰ ਕਰਦੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ, ਪਰ ਮੁੱਖ ਮਕਸਦ ਲੋਕਾਂ ਨੂੰ ਜਾਗਰੂਕ ਕਰਕੇ ਸਵੈ-ਇੱਛਾ ਨਾਲ ਸਫ਼ਾਈ ਪ੍ਰਤੀ ਜ਼ਿੰਮੇਵਾਰ ਬਣਾਉਣਾ ਹੈ। ਉਹਨਾਂ ਦੱਸਿਆ ਕਿ ਮੁਹਾਲੀ ਵਿੱਚ ਲਗਭਗ 8,000 ਪਰਿਵਾਰ ਕੂੜੇ ਨੂੰ ਘਰ ਵਿੱਚ ਹੀ ਖਾਦ ਆਦਿ ਦੇ ਰੂਪ ਵਿੱਚ ਵਰਤ ਕੇ ਇਸ ਦਾ ਸਹੀ ਪ੍ਰਬੰਧਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ, ਤਾਂ ਜੋ ਹੋਰ ਲੋਕ ਵੀ ਉਨ੍ਹਾਂ ਤੋਂ ਪ੍ਰੇਰਨਾ ਲੈ ਕੇ ਘਰ ਪੱਧਰ ਤੇ ਕੂੜੇ ਦੇ ਢੁਕਵੇਂ ਪ੍ਰਬੰਧਨ ਨੂੰ ਅਪਣਾਉਣ।
ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਸ. ਸੰਦੀਪ ਸਿੰਘ ਗਾੜ੍ਹਾ, ਸੀਨੀਅਰ ਡਿਪਟੀ ਮੇਅਰ ਸ੍ਰੀ ਰਜਿੰਦਰ ਪ੍ਰਸਾਦ ਸ਼ਰਮਾ, ਡਿਪਟੀ ਮੇਅਰ ਸ੍ਰੀ ਹਰਪਾਲ ਸਿੰਘ ਚੰਨਾ, ਐਸ. ਈ. ਸ੍ਰੀ ਕਮਲਦੀਪ ਸਿੰਘ ਤੋਂ ਇਲਾਵਾ ਮਿਉਂਸਪਲ ਕੌਂਸਲਰ ਸ੍ਰੀਮਤੀ ਅਰੁਣਾ ਸ਼ਰਮਾ, ਸ੍ਰੀ ਰਾਜੀਵ ਵਸ਼ਿਸ਼ਟ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਕੁਲਦੀਪ ਸਿੰਘ ਸਮਾਣਾ, ਸ੍ਰੀ ਜਸਪਾਲ ਸਿੰਘ ਮਟੌਰ, ਸ੍ਰੀ ਦਰਸ਼ਨ ਸਿੰਘ ਮਟੌਰ ਅਤੇ ਸ੍ਰੀ ਅਮਰਜੀਤ ਸਿੰਘ ਸਿੱਧੂ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Mohali
ਜ਼ਿਲ੍ਹੇ ਵਿੱਚ 18 ਖਰੀਦ ਕੇਂਦਰਾਂ ਰਾਹੀਂ 2,06,148 ਮੀਟ੍ਰਿਕ ਟਨ ਝੋਨਾ ਖਰੀਦਣ ਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ਝੋਨੇ ਦੀ ਸਰਕਾਰੀ ਖਰੀਦ ਲਈ ਮੰਡੀਆਂ ਦੀ ਅਲਾਟਮੈਂਟ ਤੇ ਰਾਈਸ ਮਿੱਲਾਂ ਨਾਲ ਲਿੰਕੇਜ ਦੀ ਪ੍ਰਕਿਰਿਆ ਮੁਕੰਮਲ
ਐਸ ਏ ਐਸ ਨਗਰ, 30 ਸਤੰਬਰ (ਸ.ਬ.) ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਕਿਹਾ ਹੈ ਕਿ ਸਾਉਣੀ ਸੀਜ਼ਨ 2026-27 ਦੌਰਾਨ ਝੋਨੇ ਦੀ ਸਰਕਾਰੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ 18 ਖਰੀਦ ਕੇਂਦਰਾਂ ਰਾਹੀਂ ਲਗਭਗ 2,06,148 ਮੀਟ੍ਰਿਕ ਟਨ ਝੋਨੇ ਦੀ ਖਰੀਦ ਕਰਨ ਦੇ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਰਾਈਸ ਮਿੱਲਾਂ ਦੀ ਅਲਾਟਮੈਂਟ ਅਤੇ ਖਰੀਦ ਕੇਂਦਰਾਂ ਨਾਲ ਲਿੰਕੇਜ ਦੀ ਪ੍ਰਕਿਰਿਆ ਵੀ ਨਿਯਮਾਂ ਅਨੁਸਾਰ ਜਾਰੀ ਹੈ।
ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ ਅਤੇ ਸਰਕਾਰੀ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਪੂਰੀ ਤਰ੍ਹਾਂ ਸੁੱਕਿਆ ਹੋਇਆ ਝੋਨਾ ਹੀ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਵਿਭਾਗ ਵੱਲੋਂ ਮੰਡੀ ਬੋਰਡ ਅਤੇ ਵੱਖ-ਵੱਖ ਖਰੀਦ ਏਜੰਸੀਆਂ ਨਾਲ ਤਾਲਮੇਲ ਕਰਕੇ 1 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਸਰਕਾਰੀ ਖਰੀਦ ਲਈ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 33 ਰਾਈਸ ਮਿੱਲਾਂ ਦੀ ਅਲਾਟਮੈਂਟ ਹੋ ਚੁੱਕੀ ਹੈ, ਜਦਕਿ ਬਾਕੀ ਰਾਈਸ ਮਿੱਲਾਂ ਦੀ ਅਲਾਟਮੈਂਟ ਅਤੇ ਲਿੰਕੇਜ ਦੀ ਪ੍ਰਕਿਰਿਆ ਵੀ ਨਿਰਧਾਰਤ ਨਿਯਮਾਂ ਅਨੁਸਾਰ ਜਾਰੀ ਹੈ।
ਉਨ੍ਹਾਂ ਦੱਸਿਆ ਕਿ ਸਾਰੀਆਂ ਸਬੰਧਤ ਮੰਡੀਆਂ ਵਿੱਚ ਲੋੜੀਂਦਾ ਸਟਾਫ਼ ਤਾਇਨਾਤ ਕਰ ਦਿੱਤਾ ਗਿਆ ਹੈ ਅਤੇ ਖਰੀਦ, ਲਿਫ਼ਟਿੰਗ ਅਤੇ ਸਟੋਰੇਜ ਨਾਲ ਸਬੰਧਤ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਨਿਰਵਿਘਨ ਅਤੇ ਸੁਚਾਰੂ ਖਰੀਦ ਸਹੂਲਤ ਮੁਹੱਈਆ ਕਰਵਾਉਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਗਏ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਦਾ ਨਿਪਟਾਰਾ ਖੇਤੀਬਾੜੀ ਮਸ਼ੀਨਰੀ ਅਤੇ ਵਿਗਿਆਨਕ ਤਰੀਕਿਆਂ ਰਾਹੀਂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਫ਼ਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਨਾਲ ਵਾਤਾਵਰਣ ਦੀ ਸੰਭਾਲ ਦੇ ਨਾਲ-ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵੀ ਬਰਕਰਾਰ ਰੱਖਣ ਵਿੱਚ ਮਦਦ ਮਿਲਦੀ ਹੈ।
Mohali
ਸਰਕਾਰੀ ਕਾਲਜ ਮੁਹਾਲੀ ਦੀਆਂ ਵਿਦਿਆਰਥਣਾਂ ਨੇ ਅਥਲੈਟਿਕਸ ਮੁਕਾਬਲਿਆਂ ਵਿੱਚ ਜਿੱਤੇ ਤਗਮੇ
ਐਸ ਏ ਐਸ ਨਗਰ, 30 ਸਤੰਬਰ (ਸ.ਬ.) ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਐਸ.ਏ.ਐਸ. ਨਗਰ (ਮੁਹਾਲੀ) ਦੀਆਂ ਵਿਦਿਆਰਥਣਾਂ ਨੇ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4, 2026 ਦੇ ਐਥਲੈਟਿਕਸ ਮੁਕਾਬਲਿਆਂ ਦੌਰਾਨ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ।
ਕਾਲੇਜ ਦੀ ਪ੍ਰਿੰਸੀਪਲ ਜਸਪ੍ਰੀਤ ਕੌਰ ਬੈਂਸ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਸਪਨਾ ਨੇ 1500 ਮੀਟਰ ਅਤੇ 5000 ਮੀਟਰ ਵਿੱਚ ਪਹਿਲਾ ਸਥਾਨ ਅਤੇ 800 ਮੀਟਰ ਵਿੱਚ ਦੂਜਾ ਸਥਾਨ ਹਾਸਲ ਕੀਤਾ ਹੈ। ਭਾਵਨਾ ਨੇ 800 ਮੀਟਰ ਅਤੇ 5000 ਮੀਟਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਕਾਜਲ ਨੇ 400 ਮੀਟਰ ਅਤੇ 5000 ਮੀਟਰ ਵਿੱਚ ਦੂਜਾ ਜਦਕਿ ਦਿਵਿਆ ਨੇ 1500 ਮੀਟਰ ਵਿੱਚ ਦੂਜਾ ਸਥਾਨ ਅਤੇ 800 ਮੀਟਰ ਵਿੱਚ ਤੀਜਾ ਸਥਾਨ ਹਾਸਲ ਕੀਤਾ।
ਉਹਨਾਂ ਕਿਹਾ ਕਿ ਵਿਦਿਆਰਥਣਾਂ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਕਾਲੇਜ ਦਾ ਮਾਣ ਵਧਿਆ ਹੈ। ਉਹਨਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਲੀਡਰਸ਼ਿਪ ਦੇ ਗੁਣ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
ਇਸ ਮੌਕੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਦੀ ਮੁਖੀ ਪ੍ਰੋ. ਸਿਮਰਪ੍ਰੀਤ ਕੌਰ, ਪ੍ਰੋ. ਜਗਤਾਰ ਸਿੰਘ ਵੀ ਮੌਜੂਦ ਸਨ।
Mohali
ਰਾਜ ਪੱਧਰੀ ਸਕੂਲ ਖੇਡਾਂ ਦੌਰਾਨ 14 ਸਾਲ ਦੀਆਂ ਕੁੜੀਆਂ ਦੇ ਸਾਫ਼ਟ ਟੈਨਿਸ ਮੁਕਾਬਲੇ ਵਿੱਚ ਮੇਜ਼ਬਾਨ ਮੁਹਾਲੀ ਦੀ ਟੀਮ ਚੈਂਪੀਅਨ ਬਣੀ
ਬਾਸਕਟਬਾਲ ਵਿੱਚ ਮੇਜ਼ਬਾਨ ਮੁਹਾਲੀ ਦੀ ਟੀਮ ਨੇ ਫਾਈਨਲ ਵਿੱਚ ਥਾਂ ਬਣਾਈ
ਐਸ ਏ ਐਸ ਨਗਰ, 30 ਸਤੰਬਰ (ਸ.ਬ.) ਇੱਥੇ ਚੱਲ ਰਹੀਆਂ ਰਾਜ ਪੱਧਰੀ ਸਕੂਲ ਖੇਡਾਂ ਦੌਰਾਨ ਮਿਲੇਨੀਅਮ ਸਕੂਲ ਫੇਜ਼ 5 ਵਿਖੇ ਕੁੜੀਆਂ ਦੇ 14 ਸਾਲ ਵਰਗ ਦੇ ਸਾਫ਼ਟ ਟੈਨਿਸ ਮੁਕਾਬਲੇ ਮੁਕੰਮਲ ਹੋਏ ਜਦਕਿ 17 ਸਾਲ ਵਰਗ ਦੀਆਂ ਕੁੜੀਆਂ ਦੇ ਬਾਸਕਟਬਾਲ ਅਤੇ ਕ੍ਰਿਕਟ ਦੇ ਅਗਲੇ ਗੇੜ ਦੇ ਮੈਚ ਖੇਡੇ ਗਏ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ: ਗਿੰਨੀ ਦੁੱਗਲ ਦੀ ਅਗਵਾਈ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ: ਇੰਦੂ ਬਾਲਾ ਦੀ ਦੇਖਰੇਖ ਹੇਠ ਅੱਜ ਹੋਏ ਰਾਜ ਪੱਧਰੀ ਖੇਡ ਮੁਕਾਬਲਿਆਂ ਦੇ ਪਹਿਲੇ ਸੈਮੀਫਾਈਨਲ ਵਿੱਚ ਜਲੰਧਰ ਦੀ ਟੀਮ ਨੇ ਲੁਧਿਆਣਾ ਨੂੰ 2-1 ਸੈਟਾਂ ਨਾਲ ਹਰਾਇਆ ਜਦਕਿ ਦੂਜੇ ਸੈਮੀਫਾਈਨਲ ਵਿੱਚ ਮੇਜ਼ਬਾਨ ਐਸ. ਏ. ਐਸ.ਨਗਰ ਦੀ ਟੀਮ ਨੇ ਪਠਾਨਕੋਟ ਨੂੰ ਸਿੱਧੇ ਸੈਟਾਂ ਵਿੱਚ 2-0 ਦੇ ਅੰਤਰ ਨਾਲ ਮਾਤ ਦੇ ਕੇ ਫਾਈਨਲ ਵਿੱਚ ਥਾਂ ਬਣਾਈ।
ਫਾਈਨਲ ਮੁਕਾਬਲਾ ਜਲੰਧਰ ਅਤੇ ਐਸ.ਏ.ਐਸ.ਨਗਰ ਦੀਆਂ ਟੀਮਾਂ ਵਿਚਕਾਰ ਹੋਇਆ। ਫਸਵੇਂ ਫਾਈਨਲ ਵਿੱਚ ਮੇਜ਼ਬਾਨ ਐਸ. ਏ. ਐਸ. ਨਗਰ ਦੀ ਟੀਮ ਨੇ ਵਧੀਆ ਪ੍ਰਦਰਸ਼ਨ ਕਰਦਿਆਂ ਜਲੰਧਰ ਦੀ ਟੀਮ ਨੂੰ 2-1 ਸੈਟਾਂ ਦੇ ਅੰਤਰ ਨਾਲ ਹਰਾ ਕੇ ਸੋਨ ਤਗ਼ਮਾ ਆਪਣੇ ਨਾਂ ਕੀਤਾ। ਇਨਾਮ ਵੰਡ ਸਮਾਗਮ ਦੌਰਾਨ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ: ਇੰਦੂ ਬਾਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਜੇਤੂ ਅਤੇ ਉਪ ਜੇਤੂ ਟੀਮਾਂ ਦੇ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਕੀਤੀ।
ਇਸੇ ਦੌਰਾਨ ਸੈਕਟਰ 78 ਦੇ ਬਹੁਮੰਤਵੀ ਖੇਡ ਕੰਪਲੈਕਸ ਵਿੱਚ ਚੱਲ ਰਹੇ 17 ਸਾਲ ਵਰਗ ਦੀਆਂ ਕੁੜੀਆਂ ਦੇ ਬਾਸਕਟਬਾਲ ਦੇ ਸੈਮੀਫਾਈਨਲ ਮੈਚ ਖੇਡੇ ਗਏ। ਪਹਿਲੇ ਸੈਮੀਫਾਈਨਲ ਵਿੱਚ ਮੇਜ਼ਬਾਨ ਐਸ. ਏ. ਐਸ. ਨਗਰ ਦੀ ਟੀਮ ਨੇ ਮਾਨਸਾ ਨੂੰ 31-10 ਦੇ ਅੰਤਰ ਨਾਲ ਹਰਾਇਆ ਜਦਕਿ ਦੂਜੇ ਸੈਮੀਫਾਈਨਲ ਵਿੱਚ ਪੀ ਆਈ ਐਸ ਲੁਧਿਆਣਾ ਦੀ ਟੀਮ ਨੇ ਪਟਿਆਲਾ ਨੂੰ 67-21 ਦੇ ਅੰਤਰ ਨਾਲ ਮਾਤ ਦੇ ਕੇ ਫਾਈਨਲ ਵਿੱਚ ਥਾਂ ਬਣਾਈ।
ਇਸ ਦੌਰਾਨ ਚੱਪਰਚਿੜੀ ਦੇ ਚੈਂਪੀਅਨਜ਼ ਕ੍ਰਿਕਟ ਅਕੈਡਮੀ ਮੈਦਾਨ ਵਿੱਚ ਕ੍ਰਿਸ਼ਨ ਮਹਿਤਾ ਦੀ ਦੇਖਰੇਖ ਹੇਠ ਚੱਲ ਰਹੇ 17 ਸਾਲ ਵਰਗ ਦੀਆਂ ਕੁੜੀਆਂ ਦੇ ਕ੍ਰਿਕਟ ਮੁਕਾਬਲਿਆਂ ਦਾ ਕੁਆਰਟਰ ਫਾਈਨਲ ਗੇੜ ਦਾ ਮੈਚ ਮੇਜ਼ਬਾਨ ਐਸ. ਏ. ਐਸ.ਨਗਰ ਅਤੇ ਸ੍ਰੀ ਮੁਕਤਸਰ ਸਾਹਿਬ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ। ਇੱਕਪਾਸੜ ਰਹੇ ਇਸ ਮੈਚ ਵਿੱਚ ਮੇਜ਼ਬਾਨ ਟੀਮ ਨੇ 10 ਵਿਕਟਾਂ ਦੇ ਅੰਤਰ ਨਾਲ ਜਿੱਤ ਦਰਜ਼ ਕਰਕੇ ਸੈਮੀਫਾਈਨਲ ਵਿੱਚ ਆਪਣੀ ਥਾਂ ਪੱਕੀ ਕੀਤੀ। ਇਸ ਤੋਂ ਪਹਿਲਾਂ ਹੋਏ ਇੱਕ ਹੋਰ ਮੈਚ ਵਿੱਚ ਲੁਧਿਆਣਾ ਨੇ ਫਾਜ਼ਿਲਕਾ ਨੂੰ 64 ਦੌੜਾਂ ਨਾਲ ਅਤੇ ਹੁਸ਼ਿਆਰਪੁਰ ਨੇ ਮਾਨਸਾ ਨੂੰ 7 ਵਿਕਟਾਂ ਦੇ ਅੰਤਰ ਨਾਲ ਹਰਾਇਆ।
ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ: ਇੰਦੂ ਬਾਲਾ ਨੇ ਦੱਸਿਆ ਕਿ ਕੌਮੀ ਖੇਡਾਂ ਦੇ ਇੱਥੇ ਚੱਲ ਰਹੇ ਮੁਕਾਬਲਿਆਂ ਦੇ ਅਗਲੇ ਗੇੜ ਦੇ ਮੈਚ ਵੀਰਵਾਰ ਨੂੰ ਕਰਵਾਏ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਵਿੰਦਰ ਕੁਮਾਰ ਨਾਢਾ, ਸੁਨੀਲ ਕੁਮਾਰ, ਅਨਿਲ ਕੁਮਾਰ, ਰਾਹੁਲ ਕੁਮਾਰ, ਗੁਰਪ੍ਰੀਤ ਸਿੰਘ ਪਟਿਆਲਾ, ਰਿਤਿਕ ਸੰਦਲ ਜਲੰਧਰ, ਅਮਨਦੀਪ ਕੌਰ, ਰਵਿੰਦਰ ਸਿੰਘ, ਸੀਮਾ ਧਾਰੀਵਾਲ, ਸਵੀਟੀ ਰਾਣਾ, ਨਿਤਿਨ ਰਾਏ, ਰਵਿੰਦਰ ਕੁਮਾਰ, ਸੰਦੀਪ ਖਾਨ, ਆਰਜ਼ੂ ਆਦਿ ਤੋਂ ਇਲਾਵਾ ਵੱਖ ਵੱਖ ਜ਼ਿਲ੍ਹਿਆਂ ਤੋਂ ਆਏ ਖੇਡ ਅਧਿਆਪਕ ਹਾਜ਼ਰ ਸਨ।
-
National2 months ago
ਨਾਸਿਕ ਅਤੇ ਚੰਬਾ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ, ਅਫ਼ਗਾਨਿਸਤਾਨ ਵਿੱਚ ਵੀ ਆਇਆ ਭੂਚਾਲ
-
Punjab2 months agoਪੁਰਾਣੀ ਰੰਜਿਸ਼ ਕਾਰਨ ਗੋਲੀਬਾਰੀ ਦੌਰਾਨ ਨੌਜਵਾਨ ਦੀ ਮੌਤ, ਛੋਟਾ ਭਰਾ ਗੰਭੀਰ ਜ਼ਖ਼ਮੀ
-
International3 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
Mohali1 month ago
ਮਨਿਸਟੀਰੀਅਲ ਕਾਮਿਆਂ ਦੀ ਦੋ ਰੋਜ਼ਾ ਕਲਮਛੋੜ ਤੇ ਕੰਪਿਊਟਰ ਬੰਦ ਹੜਤਾਲ ਸ਼ੁਰੂ
-
National2 months agoਬੇਕਾਬੂ ਹੋ ਕੇ ਖੇਤ ਵਿੱਚ ਪਲਟੀ ਟਰੈਕਟਰ-ਟਰਾਲੀ, 3 ਵਿਅਕਤੀਆਂ ਦੀ ਮੌਤ, 2 ਗੰਭੀਰ ਜ਼ਖ਼ਮੀ
-
National2 months agoਫਰਨੀਚਰ ਦੀ ਦੁਕਾਨ ਵਿੱਚ ਅੱਗ ਲੱਗਣ ਕਾਰਨ 1 ਵਿਅਕਤੀ ਦੀ ਮੌਤ, 1 ਗੰਭੀਰ
-
National1 month agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
National2 months agoਇਮਾਰਤ ਦੀ 11ਵੀਂ ਮੰਜਲ ਤੇ ਅੱਗ ਲੱਗਣ ਕਾਰਨ 2 ਵਿਅਕਤੀਆਂ ਦੀ ਮੌਤ, 4 ਜ਼ਖ਼ਮੀ
