Connect with us

Mohali

22 ਸਕੂਲਾਂ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਸਾਇੰਸ ਸੈਮੀਨਾਰ ਵਿੱਚ ਦਿਖਾਈ ਪ੍ਰਤਿਭਾ

Published

on

ਸਮ੍ਰਿਤੀ ਨੇ ਪਹਿਲਾ, ਗੁਰਜੋਤ ਕੌਰ ਨੇ ਦੂਜਾ ਅਤੇ ਕਰਮਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ

ਬਨੂੜ, 30 ਸਤੰਬਰ (ਸ.ਬ.) ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੂਟਾ ਸਿੰਘ ਵਾਲਾ ਵਿਖੇ ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਬਲਾਕ ਪੱਧਰੀ ਸਾਇੰਸ ਸੈਮੀਨਾਰ-2026 ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬਨੂੜ ਬਲਾਕ ਦੇ 22 ਸਕੂਲਾਂ ਤੋਂ 8ਵੀਂ ਤੋਂ 10ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਆਪਣੀ ਵਿਗਿਆਨਕ ਸੋਚ, ਗਿਆਨ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

ਸਾਇੰਸ ਸੈਮੀਨਾਰ ਦਾ ਵਿਸ਼ਾ ਵਿਕਸਤ ਊਰਜਾ ਟੋਕਰੀ-2047: ਸੰਭਾਵਨਾਵਾਂ ਅਤੇ ਚੁਣੌਤੀਆਂ” ਰਿਹਾ। ਵਿਦਿਆਰਥੀਆਂ ਨੇ ਇਸ ਵਿਸ਼ੇ ਤਹਿਤ ਆਪਣੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਭਾਰਤ ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣ ਤੱਕ ਨਵਿਆਉਣਯੋਗ ਊਰਜਾ ਦੇ ਸਰੋਤਾਂ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਇੱਕ ਆਤਮਨਿਰਭਰ, ਊਰਜਾ-ਸੁਰੱਖਿਅਤ ਅਤੇ ਵਿਕਸਤ ਦੇਸ਼ ਬਣਨ ਦੀਆਂ ਕਿਹੜੀਆਂ ਸੰਭਾਵਨਾਵਾਂ ਹਨ। ਵਿਦਿਆਰਥੀਆਂ ਨੇ ਭਵਿੱਖ ਵਿੱਚ ਭਾਰਤ ਸਾਹਮਣੇ ਆਉਣ ਵਾਲੀਆਂ ਊਰਜਾ ਸਬੰਧੀ ਚੁਣੌਤੀਆਂ ਤੇ ਵੀ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਦੇ ਸੰਭਾਵਿਤ ਹੱਲ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ।

ਮੁਕਾਬਲੇ ਦੇ ਨਤੀਜਿਆਂ ਵਿੱਚ ਸਰਕਾਰੀ ਹਾਈ ਸਕੂਲ ਕਾਰਕੌਰ ਦੀ ਵਿਦਿਆਰਥਣ ਸਮ੍ਰਿਤੀ ਨੇ ਪਹਿਲਾ ਸਥਾਨ ਹਾਸਲ ਕੀਤਾ। ਸਰਕਾਰੀ ਹਾਈ ਸਕੂਲ ਸਲੇਮਪੁਰ ਨਗਲ ਦੀ ਵਿਦਿਆਰਥਣ ਗੁਰਜੋਤ ਕੌਰ ਨੇ ਦੂਜਾ ਸਥਾਨ, ਜਦਕਿ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੂਟਾ ਸਿੰਘ ਵਾਲਾ ਦੀ ਵਿਦਿਆਰਥਣ ਕਰਮਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਸਮ੍ਰਿਤੀ ਹੁਣ ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ ਵਿੱਚ ਬਨੂੜ ਬਲਾਕ ਦੀ ਨੁਮਾਇੰਦਗੀ ਕਰੇਗੀ। ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ 6 ਅਕਤੂਬਰ ਨੂੰ ਕਰਵਾਇਆ ਜਾਵੇਗਾ।

ਸੈਮੀਨਾਰ ਵਿੱਚ ਮੁਲਾਂਕਣ ਲਈ ਸ਼੍ਰੀਮਤੀ ਇੰਦਰਪ੍ਰੀਤ ਕੌਰ, ਸਾਇੰਸ ਮਿਸਟ੍ਰੈਸ, ਸਰਕਾਰੀ ਹਾਈ ਸਕੂਲ ਜਵਾਹਰਪੁਰ, ਡੇਰਾਬੱਸੀ-1 ਅਤੇ ਸ਼੍ਰੀਮਤੀ ਸੀਮਾ ਭਾਰਦਵਾਜ, ਸਾਇੰਸ ਮਿਸਟ੍ਰੈਸ, ਸਰਕਾਰੀ ਹਾਈ ਸਕੂਲ ਮੁਕੰਦਪੁਰ, ਡੇਰਾਬੱਸੀ-1 ਨੇ ਜੱਜਾਂ ਦੀ ਭੂਮਿਕਾ ਨਿਭਾਈ।

ਸਕੂਲ ਇੰਚਾਰਜ ਸ਼੍ਰੀਮਤੀ ਪਰਮਜੀਤ ਕੌਰ, ਸੀਨੀਅਰ ਲੈਕਚਰਾਰ, ਰਾਜਨੀਤੀ ਸ਼ਾਸਤਰ ਦੀ ਅਗਵਾਈ ਹੇਠ ਕਰਵਾਏ ਇਸ ਪ੍ਰੋਗਰਾਮ ਦੀ ਸਮੁੱਚੀ ਦੇਖ-ਰੇਖ ਅਤੇ ਪ੍ਰਬੰਧਕੀ ਜ਼ਿੰਮੇਵਾਰੀ ਸਾਇੰਸ ਮਿਸਟ੍ਰੈਸ ਸ਼੍ਰੀਮਤੀ ਲਵਪ੍ਰੀਤ ਕੌਰ ਵੱਲੋਂ ਨਿਭਾਈ ਗਈ। ਇਸ ਮੌਕੇ ਸ਼੍ਰੀ ਗਿਰੀਸ਼ ਜੋਸ਼ੀ, ਸ਼੍ਰੀ ਗੁਰਵਿੰਦਰ ਸਿੰਘ, ਮੈਡਮ ਜਵੰਤਿਕਾ, ਸ਼੍ਰੀਮਤੀ ਰਣਜੀਤ ਕੌਰ, ਸ਼੍ਰੀਮਤੀ ਅਨੀਤਾ, ਸ਼੍ਰੀਮਤੀ ਕਵਿਤਾ ਆਨੰਦ, ਸ਼੍ਰੀ ਤੇਜਿੰਦਰ ਸਿੰਘ, ਸ਼੍ਰੀਮਤੀ ਰੇਨੂ ਬਾਲਾ, ਸ਼੍ਰੀਮਤੀ ਮਮਤਾ, ਸ਼੍ਰੀ ਪੁਨੀਤ ਕੰਬੋਜ ਅਤੇ ਸ਼੍ਰੀ ਬਹਾਦੁਰ ਸਿੰਘ ਸਮੇਤ ਸਮੂਹ ਸਟਾਫ ਹਾਜ਼ਰ ਰਿਹਾ ਅਤੇ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਆਪਣਾ ਮਹੱਤਵਪੂਰਨ ਸਹਿਯੋਗ ਦਿੱਤਾ।

Continue Reading

Mohali

ਗਮਾਡਾ ਨੇ ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਨਾਜਾਇਜ਼ ਕਲੋਨੀ ਕੱਟਣ ਵਾਲਿਆਂ ਖਿਲਾਫ ਕੀਤੀ ਕਾਰਵਾਈ

Published

on

By

ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹੀ, ਸੀਵਰੇਜ ਦੀਆਂ ਲਾਈਨਾਂ ਪੁੱਟੀਆਂ

ਐਸ ਏ ਐਸ ਨਗਰ, 29 ਅਕਤੂਬਰ (ਪਵਨ ਰਾਵਤ) ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਕਥਿਤ ਤੌਰ ਤੇ ਨਾਜਾਇਜ਼ ਕਲੋਨੀ ਕੱਟਣ ਅਤੇ ਹਰੇ-ਭਰੇ ਦਰੱਖਤਾਂ ਦੀ ਕਟਾਈ ਦੇ ਮਾਮਲੇ ਵਿੱਚ ਗਮਾਡਾ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਮੌਕੇ ਤੇ ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹ ਦਿੱਤੀ ਗਈ ਅਤੇ ਸੀਵਰੇਜ ਦੀਆਂ ਲਾਈਨਾਂ ਪੁੱਟ ਦਿੱਤੀਆਂ ਗਈਆਂ।

ਗਮਾਡਾ ਦੀ ਰੈਗੁਲੇਟਰੀ ਬ੍ਰਾਂਚ ਦੇ ਐਸ ਡੀ ਓ ਸz. ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਕਾਰਵਾਈ ਨਾਲ ਨਾਜਾਇਜ਼ ਤੌਰ ਤੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਸਖ਼ਤ ਸੰਦੇਸ਼ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਕੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜਿਨ੍ਹਾਂ ਲੋਕਾਂ ਨੇ ਲੋੜੀਂਦੀਆਂ ਮਨਜ਼ੂਰੀਆਂ ਲਏ ਬਿਨਾਂ ਉਸਾਰੀ ਕੀਤੀ ਹੈ, ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਗਲਤਫ਼ਹਿਮੀ ਨਹੀਂ ਰੱਖਣੀ ਚਾਹੀਦੀ ਕਿ ਮਕਾਨ ਬਣ ਜਾਣ ਤੋਂ ਬਾਅਦ ਗਮਾਡਾ ਕੋਈ ਕਾਰਵਾਈ ਨਹੀਂ ਕਰ ਸਕਦਾ। ਜੇਕਰ ਕਿਸੇ ਨੇ ਬਿਨਾਂ ਮਨਜ਼ੂਰੀ ਮਕਾਨ ਬਣਾਇਆ ਹੈ, ਤਾਂ ਗਮਾਡਾ ਵੱਲੋਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

Continue Reading

Mohali

ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਰੋਸ ਧਰਨਾ

Published

on

By

ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਆਪਣੀਆਂ ਲਮਕਦੀਆਂ ਮੰਗਾਂ ਮੰਗਵਾਉਣ ਲਈ ਸz. ਲਛਮਣ ਸਿੰਘ ਗਰੇਵਾਲ ਅਤੇ ਰਾਜਵਿੰਦਰ ਸਿੰਘ ਤਰਸਿੱਕਾ ਦੀ ਅਗਵਾਈ ਵਿੱਚ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫਤਰ (ਵਿਕਾਸ ਭਵਨ ਮੁਹਾਲੀ) ਵਿਖੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਬੁਲਾਰਿਆਂ ਵੱਲੋਂ ਕਿਹਾ ਗਿਆ ਕਿ ਸਰਕਾਰ ਅਤੇ ਵਿਭਾਗ ਉਨ੍ਹਾਂ ਨਾਲ ਮਤਰੇਈ ਮਾਂ ਜਿਹਾ ਸਲੂਕ ਕਰ ਰਿਹਾ ਹੈ। ਪੇ-ਕਮਿਸ਼ਨ ਦੇ ਬਕਾਏ ਜਾਰੀ ਨਹੀਂ ਕੀਤੇ ਜਾ ਰਹੇ, ਬੁਢਾਪਾ ਭੱਤਾ ਪੂਰਾ ਨਹੀਂ ਦਿੱਤਾ ਜਾ ਰਿਹਾ, ਐਲ. ਟੀ. ਸੀ. ਦੀ ਸਹੂਲਤ ਲਾਗੂ ਨਹੀਂ ਕੀਤੀ ਜਾ ਰਹੀ, ਪੈਨਸ਼ਨ ਲਾਉਣ ਲਈ ਕੋਈ ਸਮਾਂ ਸੀਮਾਂ ਨਹੀਂ, ਪੈਨਸ਼ਨ ਸਮੇਂ ਸਿਰ ਨਹੀਂ ਦਿੱਤੀ ਜਾਂਦੀ, ਅਦਾਲਤੀ ਫੈਸਲਿਆਂ ਨੂੰ ਅਪੀਲਾਂ ਰਾਹੀਂ ਲਟਕਾਇਆ ਜਾ ਰਿਹਾ ਹੈ ਅਤੇ ਪੈਨਸ਼ਨ ਸੈਲ ਨੂੰ ਸੂਚਾਰੂ ਬਣਾਉਣ ਲਈ ਯਤਨ ਨਹੀਂ ਕੀਤੇ ਜਾਂਦੇ।

ਉਨ੍ਹਾਂ ਕਿਹਾ ਕਿ ਜੇ ਇਸ ਧਰਨੇ ਉਪਰੰਤ ਵੀ ਕਾਰਗਰ ਕਦਮ ਨਾ ਚੁੱਕੇ ਗਏ ਤਾਂ 25 ਨਵੰਬਰ ਨੂੰ ਮੁੜ ਧਰਨਾ ਲਗਾਇਆ ਜਾਵੇਗਾ। ਧਰਨੇ ਨੂੰ ਪੈਨਸ਼ਨਰ ਆਗੂਆਂ ਲਛਮਣ ਸਿੰਘ ਗਰੇਵਾਲ, ਰਾਜਵਿੰਦਰ ਸਿੰਘ ਤਰਸਿੱਕਾ, ਕੁਲਵੰਤ ਕੌਰ ਬਾਠ, ਗੁਰਮੀਤ ਸਿੰਘ ਭਾਂਖਰਪੁਰ, ਸੁਰਿੰਦਰ ਹਾਟਾ, ਸ਼ੇਰ ਮੁਹੰਮਦ, ਲਖਵਿੰਦਰ ਸਿੰਘ, ਰਾਜਵੰਤ ਸਿੰਘ, ਦਰਸ਼ਨ ਸਿੰਘ, ਮਾਨ ਸਿੰਘ, ਬਲਦੇਵ ਸਿੰਘ, ਮਹਿੰਦਰ ਸਿੰਘ ਭੰਗੂ, ਭਗਵਾਨ ਸਿੰਘ ਤੇ ਜਾਗੀਰ ਸਿੰਘ ਢਿੱਲੋਂ ਆਦਿ ਨੇ ਸੰਬੋਧਨ ਕੀਤਾ।

Continue Reading

Mohali

ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਸਕੱਤਰ ਫੂਡ ਸਪਲਾਈ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ

Published

on

By

ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਸਕੱਤਰ ਫੂਡ ਸਪਲਾਈ ਪੰਜਾਬ ਨੂੰ ਡਿਪਟੀ ਕਮਿਸ਼ਨਰ ਮੁਹਾਲੀ ਰਾਹੀਂ ਮੰਗ ਪੱਤਰ ਦੇ ਕੇ ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਨੇ ਦੱਸਿਆ ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨਾ ਵੇਚਣ ਵਿੱਚ ਮੁਸ਼ਕਲ ਪੇਸ਼ ਆ ਰਹੀ ਹੈ ਕਿਉਂਕਿ ਆੜ੍ਹਤੀਆਂ ਵੱਲੋਂ ਕਿਸਾਨਾਂ ਨੂੰ ਕਿਹਾ ਜਾ ਰਿਹਾ ਹੈ ਕਿ ਸਰਕਾਰ ਦਾ ਖਰੀਦ ਦਾ ਟੀਚਾ ਪੂਰਾ ਹੋ ਜਾਣ ਕਾਰਨ ਸਰਕਾਰ ਵੱਲੋਂ ਖਰੀਦ ਬੰਦ ਕਰ ਦਿੱਤੀ ਗਈ ਹੈ।

ਉਹਨਾਂ ਕਿਹਾ ਕਿ ਕੁਝ ਮੰਡੀਆਂ ਵਿੱਚ ਬਾਰਦਾਨਾ ਮੁਹਈਆ ਨਹੀਂ ਕਰਵਾਇਆ ਜਾ ਰਿਹਾ ਅਤੇ ਕੁਝ ਮੰਡੀਆਂ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਦੱਸ ਕੇ ਕਈ-ਕਈ ਦਿਨਾਂ ਤੋਂ ਖਰੀਦ ਨਹੀਂ ਕੀਤੀ ਜਾ ਰਹੀ। ਉਹਨਾਂ ਲਿਖਿਆ ਹੈ ਕਿ ਸੀਜਨ ਦੇ ਪਹਿਲੇ ਦਿਨ ਤੋਂ ਹੀ ਸਰਕਾਰ ਕਹਿ ਰਹੀ ਹੈ ਕਿ ਝੋਨਾ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ, ਇਸ ਕਰਕੇ ਖਰੀਦ ਬੰਦ ਨਹੀਂ ਕਰਨੀ ਚਾਹੀਦੀ।

ਉਹਨਾਂ ਲਿਖਿਆ ਹੈ ਕਿ ਖੇਤੀਬਾੜੀ ਵਿਭਾਗ ਦੇ ਸਰਵੇ ਅਨੁਸਾਰ ਝਾੜ ਵਿੱਚ ਵਾਧਾ ਹੋਇਆ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਕਿਹਾ ਜਾ ਰਿਹਾ ਹੈ ਪਿਛਲੇ ਸਾਲਾਂ ਦੇ ਸੀਜਨਾਂ ਦੇ ਝਾੜ ਮੁਤਾਬਕ ਖਰੀਦ ਕੀਤੀ ਜਾਵੇਗੀ ਜਦ ਕਿ ਇਸ ਸਾਲ ਝਾੜ ਜਿਆਦਾ ਹੈ। ਪਿਛਲੇ ਸੀਜ਼ਨ ਵਿੱਚ ਤਾਂ ਹੜ੍ਹਾਂ ਅਤੇ ਬਿਮਾਰੀਆਂ ਕਾਰਨ ਫਸਲ ਘੱਟ ਹੁੰਦੀ ਰਹੀ।

ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਨਿਰਵਿਘਨ ਖਰੀਦ ਕੀਤੀ ਜਾਵੇ ਕਿਉਂਕਿ ਜੇਕਰ ਕਿਸਾਨ ਨੂੰ ਮੰਡੀਆਂ ਵਿੱਚ ਵਾਧੂ ਟਾਈਮ ਲੱਗੇਗਾ ਤਾਂ ਕਣਕ ਦੀ ਬਿਜਾਈ ਵੀ ਲੇਟ ਹੋਵੇਗੀ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਖਾਦ ਅਤੇ ਹੋਰ ਖਾਦਾਂ ਦਾ ਪ੍ਰਬੰਧ ਕਰਨ ਲਈ ਵਾਧੂ ਪਰੇਸ਼ਾਨ ਹੋਣਾ ਪੈ ਰਿਹਾ ਹੈ। ਉਪਰੋਕਤ ਮੰਗਾਂ ਤੇ ਤੁਰੰਤ ਧਿਆਨ ਦਿੱਤਾ ਜਾਵੇ ਕਿਸੇ ਵੀ ਦਾਣਾ ਮੰਡੀ ਵਿੱਚ ਖਰੀਦ ਬੰਦ ਨਾ ਕੀਤੀ ਜਾਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਹਰ ਸਿੰਘ ਥੇੜੀ ਪ੍ਰੈਸ ਸਕੱਤਰ ਪੰਜਾਬ, ਹਕੀਕਤ ਸਿੰਘ ਘੜੂੰਆਂ ਜ਼ਿਲ੍ਹਾ ਪ੍ਰੈਸ ਸਕੱਤਰ, ਬਹਾਦਰ ਸਿੰਘ ਨਿਆਮੀਆਂ ਜ਼ਿਲ੍ਹਾ ਜਨਰਲ ਸਕੱਤਰ, ਕੁਲਦੀਪ ਸਿੰਘ ਜਲਾਲਪੁਰ ਬਲਾਕ ਡੇਰਾਬੱਸੀ, ਜਰਨੈਲ ਸਿੰਘ ਦਿਆਲਪੁਰਾ ਬਲਾਕ ਪ੍ਰਧਾਨ ਡੇਰਾਬੱਸੀ, ਬਲਵਿੰਦਰ ਸਿੰਘ ਮਲਕਪੁਰ ਡੇਰਾਬੱਸੀ, ਪ੍ਰੇਮ ਸਿੰਘ ਮੀਰਪੁਰ ਡੇਰਾਬੱਸੀ, ਤਲਵਿੰਦਰ ਸਿੰਘ ਡੇਰਾਬੱਸੀ ਹਾਜ਼ਰ ਸਨ।

Continue Reading

Trending