Editorial
ਕੀ ਮੇਲਿਆਂ ਅਤੇ ਧਰਨਿਆਂ ਜੋਗੇ ਰਹਿ ਗਏ ਨੇ ਪੰਜਾਬੀ?
ਇੱਕ ਸਮਾਂ ਅਜਿਹਾ ਸੀ ਜਦੋਂ ਪੰਜਾਬੀਆਂ ਨੂੰ ਸਖ਼ਤ ਮਿਹਨਤੀ, ਬਹਾਦਰ ਅਤੇ ਸਿਰੜੀ ਮੰਨਿਆ ਜਾਂਦਾ ਸੀ ਅਤੇ ਮੇਲਿਆਂ ਵਿੱਚ ਢਾਡੀ ਤੇ ਕਵੀਸ਼ਰ ਪੰਜਾਬੀ ਗੱਭਰੂਆਂ ਦੀ ਬਹਾਦਰੀ ਦੀਆਂ ਵਾਰਾਂ ਵੀ ਗਾਇਆ ਕਰਦੇ ਸਨ। ਅੱਜ ਵੀ ਪੰਜਾਬੀ ਬਹੁਤ ਮਿਹਨਤੀ ਅਤੇ ਜੋਸ਼ੀਲੇ ਹਨ ਅਤੇ ਧਾਰਮਿਕ ਮੇਲੇ ਵੀ ਆਪਣੀ ਪੁਰਾਤਨ ਰਵਾਇਤ ਅਨੁਸਾਰ ਜਾਰੀ ਹਨ, ਜਿਹਨਾਂ ਵਿੱਚ ਪੰਜਾਬ ਦੇ ਲੋਕ ਅਤੇ ਵੱਡੀ ਗਿਣਤੀ ਨੌਜਵਾਨ ਸ਼ਰਧਾ ਅਤੇ ਉਤਸ਼ਾਹ ਨਾਲ ਹਿੱਸਾ ਲੈਂਦੇ ਹਨ ਅਤੇ ਪੁੂਰਨ ਮਰਿਆਦਾ ਵਿੱਚ ਰਹਿੰਦੇ ਹਨ। ਪਰ ਕੁੱਝ ਨੌਜਵਾਨਾਂ ਵੱਲੋਂ ਮੇਲਿਆਂ ਦੌਰਾਨ ਹੁੱਲੜਬਾਜ਼ੀ ਕਰਨ ਅਤੇ ਕੁੱਝ ਜਥੇਬੰਦੀਆਂ ਵੱਲੋਂ ਵਾਰ ਵਾਰ ਆਵਾਜਾਈ ਠੱਪ ਕਰਨ ਨਾਲ ਪੰਜਾਬ ਦੀ ਪਹਿਚਾਣ ਕੁਝ ਹੱਦ ਤੱਕ ਬਦਲਦੀ ਜਾ ਰਹੀ ਹੈ।
ਪੰਜਾਬ ਅਤੇ ਪੰਜਾਬੀਆਂ ਦੀ ਲੰਗਰ ਲਗਾਉਣ ਕਰਕੇ ਵਿਸ਼ਵ ਵਿੱਚ ਵੱਡੀ ਪਹਿਚਾਣ ਹੈ। ਪੰਜਾਬ ਵਿੱਚ ਹਰ ਦਿਨ ਵੱਖ ਵੱਖ ਥਾਵਾਂ ਤੇ ਮੁਫ਼ਤ ਲੰਗਰ ਤਾਂ ਚਲਦੇ ਹੀ ਹਨ, ਦੁਨੀਆ ਦੇ ਕਿਸੇ ਵੀ ਇਲਾਕੇ ਵਿੱਚ ਕੋਈ ਕੁਦਰਤੀ ਕਰੋਪੀ ਹੋਵੇ ਤਾਂ ਪੰਜਾਬੀ ਉਥੇ ਪਹੁੰਚ ਕੇ ਖਾਣ ਪੀਣ ਦੇ ਸਮਾਨ ਸਮੇਤ ਦਵਾਈਆਂ, ਕੰਬਲ ਅਤੇ ਹੋਰ ਜ਼ਰੂਰੀ ਚੀਜ਼ਾਂ ਦੇ ਮੁਫ਼ਤ ਲੰਗਰ ਲਗਾ ਦਿੰਦੇ ਹਨ, ਜਿਸ ਕਾਰਨ ਪੂਰੇ ਵਿਸ਼ਵ ਵਿੱਚ ਪੰਜਾਬੀਆਂ ਨੂੰ ਵਿਸ਼ੇਸ਼ ਪ੍ਰਸਿੱਧੀ ਮਿਲੀ ਹੋਈ ਹੈ।
ਪੰਜਾਬ ਨੂੰ ਮੇਲਿਆਂ ਦੀ ਧਰਤੀ ਵੀ ਕਿਹਾ ਜਾਂਦਾ ਹੈ ਅਤੇ ਇੱਥੇ ਹਰ ਮਹੀਨੇ ਵੱਖ-ਵੱਖ ਧਾਰਮਿਕ, ਸੱਭਿਆਚਾਰਕ, ਖੇਡ ਮੇਲੇ ਲੱਗਦੇ ਹਨ। ਇਸ ਤੋਂ ਇਲਾਵਾ ਪੰਜਾਬ ਦੀ ਧਰਤੀ ਤੇ ਕਿਸਾਨ ਮੇਲੇ, ਵਿਗਿਆਨ ਮੇਲੇ ਅਤੇ ਹੋਰ ਕਈ ਕਿਸਮਾਂ ਦੇ ਮੇਲੇ ਵੀ ਲੱਗਦੇ ਰਹਿੰਦੇ ਹਨ। ਇਹਨਾਂ ਸਾਰੇ ਮੇਲਿਆਂ ਵਿੱਚ ਪੰਜਾਬੀ ਨੌਜਵਾਨ ਵੱਡੀ ਗਿਣਤੀ ਵਿੱਚ ਹਿੱਸਾ ਲੈਂਦੇ ਹਨ। ਜਦੋਂ ਵੀ ਕਿਸੇ ਥਾਂ ਕੋਈ ਧਾਰਮਿਕ ਮੇਲਾ ਲੱਗਦਾ ਹੈ ਤਾਂ ਪੰਜਾਬ ਦੇ ਵੱਡੀ ਗਿਣਤੀ ਨੌਜਵਾਨ ਟ੍ਰੈਕਟਰ ਟਰਾਲੀਆਂ ਅਤੇ ਮੋਟਰਸਾਇਕਲ ਲੈ ਕੇ ਮੇਲੇ ਵਿੱਚ ਪਹੁੰਚਦੇ ਹਨ। ਇਹਨਾਂ ਵਿੱਚੋਂ ਕੁਝ ਨੌਜਵਾਨਾਂ ਨੇ ਤਾਂ ਆਪਣੇ ਟ੍ਰੈਕਟਰਾਂ ਤੇ ਇੱਕ ਲੱਖ ਤੋਂ ਲੈ ਕੇ ਚਾਰ ਲੱਖ ਤੱਕ ਦੇ ਡੀ ਜੇ ਹੀ ਲਗਾਏ ਹੁੰਦੇ ਹਨ ਅਤੇ ਟ੍ਰੈਕਟਰਾਂ ਨੂੰ ਕਈ ਤਰੀਕਿਆਂ ਨਾਲ ਸ਼ਿੰਗਾਰਿਆ ਵੀ ਹੁੰਦਾ ਹੈ। ਵੱਡੀ ਗਿਣਤੀ ਪੰਜਾਬੀਆਂ ਵੱਲੋਂ ਟਰਾਲੀਆਂ ਨੂੰ ਮੋਡੀਫਾਈ ਕਰਕੇ ਆਧੁਨਿਕ ਰੂਪ ਦਿੱਤਾ ਹੁੰਦਾ ਹੈ ਅਤੇ ਕਈ ਟਰਾਲੀਆਂ ਵਿੱਚ ਏ ਸੀ ਆਦਿ ਵੀ ਲਗਾਏ ਹੁੰਦੇ ਹਨ।
ਵੱਖ ਵੱਖ ਮੇਲਿਆਂ ਨੂੰ ਜਾਂਦੇ ਨੌਜਵਾਨ ਅਕਸਰ ਆਪਣੇ ਟ੍ਰੈਕਟਰ ਟਰਾਲੀਆਂ ਦੀਆਂ ਰੇਸਾਂ ਲਗਾਉਂਦੇ ਹਨ। ਸੜਕਾਂ ਤੇ ਟ੍ਰੈਕਟਰਾਂ ਦੇ ਕਰਤਬ ਦਿਖਾਉਂਦੇ ਹਨ। ਟ੍ਰੈਕਟਰਾਂ ਦੇ ਅਗਲੇ ਟਾਇਰ ਚੁੱਕ ਕੇ ਇਹ ਨੌਜਵਾਨ ਰੇਸਾਂ ਲਗਾਉਂਦੇ ਹਨ। ਇਸ ਤੋਂ ਇਲਾਵਾ ਕਈ ਵਾਰ ਭੀੜ ਭੜੱਕੇ ਵਾਲੀਆਂ ਥਾਂਵਾਂ ਤੇ ਟ੍ਰੈਕਟਰ ਟਰਾਲੀਆਂ ਖੜ੍ਹਾ ਦਿੰਦੇ ਹਨ, ਜਿਸ ਕਾਰਨ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਪਰ ਇਹ ਨੌਜਵਾਨ ਬੇਪਰਵਾਹ ਰਹਿੰਦੇ ਹਨ। ਅਜਿਹੇ ਵਿੱਚ ਜੇਕਰ ਪੁਲੀਸ ਇਹਨਾਂ ਵਿਰੁੱਧ ਕਾਰਵਾਈ ਕਰਦੀ ਹੈ ਤਾਂ ਮਾਮਲਾ ਧਰਮ ਨਾਲ ਜੋੜ ਦਿੱਤਾ ਜਾਂਦਾ ਹੈ। ਵੈਸੇ ਵੀ ਪੁਲੀਸ ਦੀ ਹਰ ਭੂਮਿਕਾ ਤੇ ਤਾਂ ਅਕਸਰ ਸਵਾਲ ਹੀ ਉੱਠਦੇ ਆਏ ਹਨ।
ਮੇਲਿਆਂ ਵਿੱਚ ਮੋਟਰਸਾਇਕਲਾਂ ਉੱਪਰ ਪਹੁੰਚਦੇ ਨੌਜਵਾਨਾਂ ਨੇ ਵੀ ਆਪਣੇ ਮੋਟਰਸਾਇਕਲਾਂ ਉੱਪਰ ਕਈ ਕਈ ਹਾਰਨ ਲਗਾਏ ਹੁੰਦੇ ਹਨ, ਜਿਨ੍ਹਾਂ ਨੂੰ ਉਹ ਬਹੁਤ ਉੱਚੀ ਆਵਾਜ਼ ਵਿੱਚ ਵਜਾਉਂਦੇ ਹਨ, ਜਿਸ ਕਾਰਨ ਅਕਸਰ ਆਮ ਲੋਕ ਤ੍ਰਭਕ ਜਾਂਦੇ ਹਨ। ਕਈ ਨੌਜਵਾਨਾਂ ਨੇ ਤਾਂ ਆਪਣੇ ਦੋ ਪਹੀਆ ਵਾਹਨਾਂ ਤੇ ਬੱਸਾਂ ਤੇ ਟਰੱਕਾਂ ਵਾਲੇ ਪ੍ਰੈਸ਼ਰ ਹਾਰਨ ਲਗਾਏ ਹੁੰਦੇ ਹਨ, ਜਿਨ੍ਹਾਂ ਨੂੰ ਇਹ ਲਗਾਤਾਰ ਵਜਾਉਂਦੇ ਰਹਿੰਦੇ ਹਨ। ਕੁਝ ਦਿਨ ਪਹਿਲਾਂ ਪੁਲੀਸ ਨੇ ਇੱਕ ਨੌਜਵਾਨ ਵੱਲੋਂ ਉਸਦੀ ਮੋਟਰਸਾਈਕਲ ਤੇ ਲਗਾਇਆ ਹੋਇਆ ਡੀਜ਼ਨ ਰੇਲ ਇੰਜਣ ਵਾਲਾ ਹਾਰਨ ਉਤਰਵਾਇਆ ਸੀ।
ਇਸਦੇ ਇਲਾਵਾ ਅੱਜ-ਕੱਲ੍ਹ ਧਰਨੇ ਲਗਾਉਣੇ ਅਤੇ ਆਵਾਜਾਈ ਠੱਪ ਕਰਨਦਾ ਰਿਵਾਜ ਜਿਹਾ ਬਣ ਗਿਆ ਹੈ ਅਤੇ ਕਈ ਵਾਰ ਤਾਂ ਕਿਸੇ ਨਾ ਕਿਸੇ ਜਥੇਬੰਦੀ ਵੱਲੋਂ ਮਾਮੂਲੀ ਗੱਲ ਤੇ ਹੀ ਆਵਾਜਾਈ ਠੱਪ ਕਰ ਦਿੱਤੀ ਜਾਂਦੀ ਹੈ। ਪੰਜਾਬ ਦੇ ਵੱਡੀ ਗਿਣਤੀ ਲੋਕ ਕਹਿੰਦੇ ਹਨ ਕਿ ਵੱਖ-ਵੱਖ ਮੁਲਾਜਮ ਜਥੇਬੰਦੀਆਂ, ਰੋਡਵੇਜ਼ ਦੇ ਠੇਕਾ ਕਾਮੇ, ਬਿਜਲੀ ਮੁਲਾਜਮਾਂ ਦੀਆਂ ਜਥੇਬੰਦੀਆਂ, ਟਰੇਡ ਯੂਨੀਅਨਾਂ, ਕਿਸਾਨ ਮਜ਼ਦੂਰ ਜਥੇਬੰਦੀਆਂ ਧਰਨੇ ਲਗਾਉਣ ਅਤੇ ਆਵਾਜਾਈ ਠੱਪ ਕਰਨ ਲਈ ਹਮੇਸ਼ਾ ਤਿਆਰ ਰਹਿੰਦੀਆਂ ਹਨ। ਇਸ ਕਾਰਨ ਪੰਜਾਬ ਦੇ ਵੱਡੀ ਗਿਣਤੀ ਲੋਕ ਹੁਣ ਇਹਨਾਂ ਜਥੇਬੰਦੀਆਂ ਤੋਂ ਦੂਰ ਵੀ ਹੋ ਗਏ ਹਨ। ਕਈ ਵਾਰ ਅਜਿਹਾ ਵੀ ਹੁੰਦਾ ਹੈ ਕਿ ਭਾਰਤ ਦੇ ਕਿਸੇ ਹੋਰ ਸੂਬੇ ਵਿੱਚ ਵਾਪਰੀ ਕਿਸੇ ਘਟਨਾ ਜਾਂ ਵਾਰਦਾਤ ਨੂੰ ਲੈ ਕੇ ਸੂਬੇ ਵਿੱਚ ਆਵਾਜਾਈ ਨੂੰ ਠੱਪ ਕਰ ਦਿੱਤਾ ਜਾਂਦਾ ਹੈ। ਅਜਿਹੇ ਸਮੇਂ ਆਮ ਪੰਜਾਬੀਆਂ ਨੂੰ ਸਮਝ ਨਹੀਂ ਆਉਂਦੀ ਕਿ ਜਿਹੜੀ ਘਟਨਾ ਜਾਂ ਵਾਰਦਾਤ ਪੰਜਾਬ ਤੋਂ ਕਾਫ਼ੀ ਦੂਰ ਕਿਸੇ ਹੋਰ ਸੂਬੇ ਵਿੱਚ ਵਾਪਰੀ ਹੈ, ਉਸ ਸਬੰਧੀ ਪੰਜਾਬ ਵਿੱਚ ਆਵਾਜਾਈ ਕਿਉਂ ਠੱਪ ਕੀਤੀ ਜਾ ਰਹੀ ਹੈ?
ਆਵਾਜਾਈ ਠੱਪ ਕਰਨ ਵਾਲਿਆਂ ਵਿੱਚ ਕੁੱਝ ਸ਼ਰਾਰਤੀ ਅਨਸਰ ਵੀ ਹੁੰਦੇ ਹਨ, ਜੋ ਕਿ ਰਾਹਗੀਰਾਂ ਨੂੰ ਗਲਤ ਬੋਲਦੇ ਹਨ, ਜਿਸ ਕਾਰਨ ਧਰਨਾਕਾਰੀਆਂ ਅਤੇ ਆਮ ਰਾਹਗੀਰਾਂ ਵਿਚਾਲੇ ਅਕਸਰ ਬਹਿਸ ਅਤੇ ਲੜਾਈ ਝਗੜਾ ਵੀ ਹੋ ਜਾਂਦਾ ਹੈ। ਕਈ ਵਾਰ ਤਾਂ ਗਲੀ ਵਿੱਚ ਖੇਡਦੇ ਬੱਚਿਆਂ ਦੀ ਲੜਾਈ ਨੂੰ ਆਧਾਰ ਬਣਾ ਕੇ ਕੁਝ ਲੋਕਾਂ ਵੱਲੋਂ ਮੁੱਖ ਸੜਕਾਂ ਤੇ ਆਵਾਜਾਈ ਠੱਪ ਕਰ ਦਿੱਤੀ ਜਾਂਦੀ ਹੈ, ਜਿਸ ਕਾਰਨ ਆਮ ਲੋਕ ਬਹੁਤ ਖੱਜਲ ਖੁਆਰ ਹੁੰਦੇ ਹਨ।
ਪੰਜਾਬ ਰੋਡਵੇਜ਼ ਅਤੇ ਪੈਪਸੂ ਰੋਡਵੇਜ਼ ਦੇ ਠੇਕਾ ਕਰਮਚਾਰੀ ਸਰਕਾਰੀ ਬੱਸਾਂ ਦੀ ਆਵਾਜਾਈ ਬਹੁਤ ਵਾਰ ਠੱਪ ਕਰ ਚੁੱਕੇ ਹਨ। ਇਸ ਨਾਲ ਸਰਕਾਰ ਨੂੰ ਕੁਝ ਫਰਕ ਨਹੀਂ ਪੈਂਦਾ ਪਰ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਆਮ ਲੋਕ ਪ੍ਰੇਸ਼ਾਨ ਹੁੰਦੇ ਹਨ। ਦੂਜੇ ਪਾਸੇ ਸਰਕਾਰੀ ਬੱਸਾਂ ਦੀ ਆਵਾਜਾਈ ਬੰਦ ਹੋਣ ਕਾਰਨ ਪ੍ਰਾਈਵੇਟ ਬੱਸਾਂ ਵਾਲਿਆਂ ਨੂੰ ਮੋਟੀ ਕਮਾਈ ਹੁੰਦੀ ਹੈ ਕਿਉਂਕਿ ਸਰਕਾਰੀ ਬੱਸਾਂ ਨਾ ਹੋਣ ਕਾਰਨ ਲੋਕ ਪ੍ਰਾਈਵੇਟ ਬੱਸਾਂ ਵਿੱਚ ਸਫ਼ਰ ਕਰਨ ਲਈ ਮਜਬੂਰ ਹੋ ਜਾਂਦੇ ਹਨ।
ਮੇਲਿਆਂ ਵਿੱਚ ਜਾਣ ਵਾਲੇ ਪੰਜਾਬੀਆਂ ਨੂੰ ਚਾਹੀਦਾ ਕਿ ਧਾਰਮਿਕ ਮੇਲਿਆ ਦੀ ਰਵਾਇਤ ਕਾਇਮ ਰੱਖੀ ਜਾਵੇ ਅਤੇ ਖਾਸ ਕਰਕੇ ਸ਼ਹੀਦੀ ਜੋੜ ਮੇਲਿਆਂ ਦੀ ਮਰਿਆਦਾ ਅਤੇ ਸੋਗਮਈ ਵਾਤਾਵਰਣ ਨੂੰ ਕਾਇਮ ਰੱਖਿਆ ਜਾਵੇ। ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਸਰਹਿੰਦ ਦੇ ਇਲਾਕੇ ਵਿੱਚ ਵੱਡੀ ਗਿਣਤੀ ਲੋਕ ਅਜਿਹੇ ਹਨ, ਜੋ ਹੁਣੈ ਵੀ ਸ਼ਹੀਦੀ ਜੋੜ ਮੇਲਿਆਂ ਦੇ ਦਿਨਾਂ ਦੌਰਾਨ ਜ਼ਮੀਨ ਤੇ ਬੈਠ ਕੇ ਜਾਂ ਰਾਤ ਸਮੇਂ ਬਿਸਤਰਿਆਂ ਅਤੇ ਮੰਜਿਆਂ ਦੀ ਥਾਂ ਜ਼ਮੀਨ ਤੇ ਪੈ ਕੇ ਅਤੇ ਇਹਨਾਂ ਦਿਨਾਂ ਦੌਰਾਨ ਕੋਈ ਖੁਸ਼ੀ ਦਾ ਸਮਾਗਮ ਨਾ ਕਰਕੇ ਸੋਗ ਮਨਾਉਂਦੇ ਹਨ, ਪਰ ਕੁਝ ਨੌਜਵਾਨ ਉੱਚੀ ਆਵਾਜ਼ ਵਿੱਚ ਸਪੀਕਰ ਚਲਾ ਕੇ ਪਤਾ ਨਹੀਂ ਕਿਹੜਾ ਸੋਗ ਮਨਾ ਰਹੇ ਹੁੰਦੇ ਹਨ।
ਪੰਜਾਬ ਖੇਤੀਪ੍ਰਧਾਨ ਸੂਬਾ ਹੈ। ਇਸ ਦੇ ਵੱਡੀ ਗਿਣਤੀ ਵਸਨੀਕ ਖੇਤੀਬਾੜੀ ਅਤੇ ਇਸ ਨਾਲ ਸਬੰਧਿਤ ਧੰਦੇ ਕਰਦੇ ਹਨ। ਪੰਜਾਬ ਦੀ ਖੇਤੀਬਾੜੀ ਦਾ ਮਸ਼ੀਨੀਕਰਨ ਹੋ ਚੁੱਕਿਆ ਹੈ, ਪਰੰਤੂ ਟ੍ਰੈਕਟਰਾਂ ਨੂੰ ਸ਼ਿੰਗਾਰਨ ‘ਤੇ ਚਾਰ ਚਾਰ ਲੱਖ ਰੁਪਏ ਲਗਾਉਣ ਨੂੰ ਸਹੀ ਨਹੀਂ ਕਿਹਾ ਜਾ ਸਕਦਾ ਅਤੇ ਇਸ ਪੈਸੇ ਨੂੰ ਚੰਗੇ ਕਿੱਤਾਮੁਖੀ ਕੰਮਾਂ ਵਿੱਚ ਲਗਾਇਆ ਜਾਣਾ ਚਾਹੀਦਾ ਹੈ ਤਾਂ ਕਿ ਹੋਰਨਾਂ ਬੇਰੁਜ਼ਗਾਰ ਲੋਕਾਂ ਨੂੰ ਵੀ ਰੁਜ਼ਗਾਰ ਮਿਲ ਸਕੇ ਅਤੇ ਪੰਜਾਬੀਆਂ ਦੀ ਸ਼ਾਨ ਵਿੱਚ ਹੋਰ ਵਾਧਾ ਹੋ ਸਕੇ।
ਬਿਊਰੋ
Editorial
ਫੋਕੇ ਦਾਅਵਿਆਂ ਅਤੇ ਇਸ਼ਤਿਹਰਬਾਜੀ ਨਾਲ ਹਲ ਨਹੀਂ ਹੁੰਦੇ ਲੋਕਾਂ ਦੇ ਮਸਲੇ
ਪੰਜਾਬ ਦੀ ਸੱਤਾ ਤੇ ਕਾਬਜ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਕਾਰਜਕਾਲ ਖਤਮ ਹੋਣ ਜਾ ਰਿਹਾ ਹੈ ਅਤੇ ਪੌਣੇ ਪੰਜ ਸਾਲ ਪਹਿਲਾਂ ਸੂਬੇ ਦੀ ਸੱਤਾ ਸੰਭਾਲਣ ਵਾਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਪੰਜਾਬ ਦੇ ਸਾਰੇ ਮੰਤਰੀਆਂ ਅਤੇ ਸੱਤਾਧਾਰੀ ਪਾਰਟੀ ਦੇ ਆਗੂਆਂ ਵਲੋਂ ਭਾਵੇਂ ਪੰਜਾਬ ਦੇ ਲੋਕਾਂ ਨੂੰ ਸਾਫ ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸ਼ਨ ਮੁਹਈਆ ਕਰਵਾਉਣ ਦੇ ਲੰਬੇ ਚੌੜੇ ਦਾਅਵੇ ਕੀਤੇ ਜਾਂਦੇ ਰਹੇ ਹਨ, ਪਰੰਤੂ ਸੂਬੇ ਦੇ ਵਸਨੀਕ ਸਰਕਾਰ ਦੀ ਹੁਣ ਤਕ ਦੀ ਕਾਰਗੁਜਾਰੀ ਤੋਂ ਕਾਫੀ ਹੱਦ ਤਕ ਅਸੰਤੁਸ਼ਟ ਦਿਖਦੇ ਹਨ ਅਤੇ ਆਮ ਲੋਕਾਂ ਨੂੰ ਸਰਕਾਰ ਦੇ ਕੰਮ ਕਰਨ ਦੇ ਤਰੀਕੇ ਵਿੱਚ ਕੋਈ ਬਦਲਾਅ ਨਜਰ ਨਹੀਂ ਆਉਂਦਾ। ਇਹ ਗੱਲ ਹੋਰ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਪਣੇ ਇਸ ਪੂਰੇ ਕਾਰਜਕਾਲ ਦੌਰਾਨ ਪੰਜਾਬ ਭਰ ਵਿੱਚ ਮੁੱਖ ਮੰਤਰੀ ਦੀਆਂ ਫੋਟੋਆਂ ਵਾਲੇ ਵੱਡੇ ਹੋਰਡਿੰਗ ਲਗਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਦਾਅਵਿਆਂ ਦੇ ਸੋਹਲੇ ਜਰੂਰ ਗਾਏ ਜਾਂਦੇ ਰਹੇ ਹਨ। ਪਰੰਤੂ ਇਸ ਸੰਬੰਧੀ ਆਮ ਲੋਕਾਂ ਦੀ ਮੰਨੀਏ ਤਾਂ ਉਹਨਾਂ ਨੂੰ ਸਰਕਾਰ ਦੇ ਇਹ ਤਮਾਮ ਐਲਾਨ ਪੂਰੀ ਤਰ੍ਹਾਂ ਖੋਖਲੇ ਲੱਗਦੇ ਹਨ ਅਤੇ ਵਿਰੋਧੀ ਪਾਰਟੀਆਂ ਵਲੋਂ ਤਾਂ ਪਹਿਲਾਂ ਹੀ ਇਸ ਸਰਕਾਰ ਨੂੰ ਐਲਾਨਵੰਤ ਸਰਕਾਰ ਦਾ ਦਰਜਾ ਦਿੱਤਾ ਜਾ ਚੁੱਕਿਆ ਰਿਹਾ ਹੈ।
ਇੰਨਾ ਜਰੂਰ ਹੈ ਕਿ ਆਪਣੇ ਇਸ ਪੂਰੇ ਕਾਰਜਕਾਲ ਦੌਰਾਨ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ਤੇ ਇਸ਼ਤਿਹਾਰਬਾਜੀ ਜਰੂਰ ਕੀਤੀ ਜਾਂਦੀ ਰਹੀ ਹੈ ਅਤੇ ਅਤੇ ਸਰਕਾਰ ਦਾ ਲੋਕ ਸੰਪਰਕ ਵਿਭਾਗ ਇਸੇ ਕੰਮ ਵਿੱਚ ਰੁੱਝਿਆ ਰਿਹਾ ਹੈ। ਆਮ ਆਦਮੀ ਪਾਰਟੀ ਦੇ ਆਗੂਆਂ ਦਾ ਤਾਂ ਇਹ ਹਾਲ ਹੈ ਕਿ ਉਹਨਾਂ ਵਲੋਂ ਆਪਣੇ ਘਰਾਂ ਅਤੇ ਦਫਤਰਾਂ ਦੇ ਬਾਹਰ ਵੀ ਮੁੱਖ ਮੰਤਰੀ ਦੀ ਫੋਟੋ ਵਾਲੇ ਵੱਡੇ ਵੱਡੇ ਬੋਰਡ ਲਗਾ ਕੇ ਰੱਖੇ ਗਏ ਹਨ। ਇਸ ਸੰਬੰਧੀ ਵਿਰੋਧੀ ਪਾਰਟੀਆਂ ਦੇ ਆਗੂ ਦੋਸ਼ ਲਗਾਉਂਦੇ ਹਨ ਸੱਤਾਧਾਰੀ ਆਗੂਆਂ ਨੂੰ ਆਮ ਲੋਕਾਂ ਦੇ ਮਸਲੇ ਨਜਰ ਨਹੀਂ ਆਉਂਦੇ ਬਲਕਿ ਉਹ ਤਾਂ ਸਿਰਫ ਵੱਡੇ ਵੱਡੇ ਬੋਰਡ ਅਤੇ ਬੈਨਰ ਲਗਾਉਣ ਵਿਚ ਹੀ ਰੁੱਝੇ ਹੋਏ ਹਨ, ਜਿਹਨਾਂ ਵਿੱਚ ਉਹ ਮੁੱਖ ਮੰਤਰੀ ਦੇ ਵੱਡੇ ਚਿਹਰੇ ਦੇ ਨਾਲ ਆਪਣੀਆਂ ਫੋਟੋਆਂ ਵੀ ਛਾਪ ਲੈਂਦੇ ਹਨ।
ਹਾਲਾਂਕਿ ਸਰਕਾਰਾਂ ਵਲੋਂ ਮੁੱਖ ਮੰਤਰੀ ਦੀ ਫੋਟੋ ਨਾਲ ਪ੍ਰਚਾਰ ਕਰਨ ਦਾ ਇਹ ਰੁਝਾਨ ਬਹੁਤ ਪੁਰਾਣਾ ਅਤੇ ਹਾਲਾਂਕਿ ਪਿਛਲੀਆਂ ਸਰਕਾਰਾਂ ਵੇਲੇ ਵੀ ਇਸੇ ਤਰ੍ਹਾਂ ਮੁੱਖ ਮੰਤਰੀ ਦੀਆਂ ਫੋਟੋਆਂ ਵਾਲੇ ਬੋਰਡ ਅਤੇ ਇਸ਼ਤਿਹਾਰ ਲੱਗਦੇ ਸੀ। ਇਹ ਵੀ ਕਿਹਾ ਜਾ ਸਕਦਾ ਹੈ ਕਿ ਸੱਤਾ ਤੇ ਕਾਬਜ ਸਾਰੀਆਂ ਹੀ ਪਾਰਟੀਆਂ ਵਲੋਂ ਸਰਕਾਰੀ ਪੈਸੇ ਦੇ ਜੋਰ ਤੇ ਆਪਣਾ ਪ੍ਰਚਾਰ ਕੀਤਾ ਜਾਂਦਾ ਰਿਹਾ ਹੈ ਪਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਤਾਂ ਬਦਲਾਅ ਦੇ ਨਾਹਰੇ ਅਤੇ ਲੋਕਾਂ ਦੇ ਮਸਲੇ ਹਲ ਕਰਨ ਦੇ ਵਾਇਦਿਆਂ ਨਾਲ ਸੱਤਾ ਵਿੱਚ ਆਈ ਸੀ ਅਤੇ ਲੋਕਾਂ ਨੇ ਉਸਦੇ ਦਾਅਵਿਆਂ ਅਤੇ ਵਾਇਦਿਆਂ ਤੇ ਭਰੋਸਾ ਕਰਕੇ ਹੀ ਉਸਨੂੰ ਸੱਤਾ ਸੰਭਾਲੀ ਸੀ। ਹੈਰਾਨੀ ਦੀ ਗੱਲ ਇਹ ਹੈ ਕਿ ਸੂਬੇ ਦੇ ਮੁੱਖ ਮੰਤਰੀ ਭਵਗੰਤ ਸਿੰਘ ਮਾਨ, ਜਿਹੜੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਰਕਾਰ ਵਲੋਂ ਇਸ ਤਰੀਕੇ ਨਾਲ ਕੀਤੇ ਜਾਂਦੇ ਮੁੱਖ ਮੰਤਰੀ ਦੀਆਂ ਫੋਟੋਆਂ ਰਾਂਹੀ ਕੀਤੇ ਜਾਣ ਵਾਲੇ ਪ੍ਰਚਾਰ ਨੂੰ ਆਮ ਲੋਕਾਂ ਤੋਂ ਇਕੱਠੇ ਕੀਤੇ ਜਾਂਦੇ ਟੈਕਸਾਂ ਦੇ ਪੈਸੇ ਦੀ ਬਰਬਾਦੀ ਕਿਹਾ ਕਰਦੇ ਸੀ, ਇਸ਼ਤਿਹਾਰਬਾਜੀ ਦੀ ਇਸ ਹੋੜ ਵਿੱਚ ਹੋਰਨਾਂ ਪਾਰਟੀਆਂ ਨੂੰ ਬਹੁਤ ਪਿੱਛੇ ਛੱਡ ਗਏ ਹਨ।
ਆਮ ਲੋਕ ਅਕਸਰ ਸਵਾਲ ਕਰਦੇ ਹਨ ਕਿ ਬਦਲਾਅ ਦਾ ਨਾਹਰਾ ਦੇਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੇ ਮਸਲੇ ਹਲ ਕਰਨ ਲਈ ਕੰਮ ਕਰਨ ਦੀ ਥਾਂ ਪਿਛਲੀਆਂ ਸਰਕਾਰਾਂ ਵਾਂਗ ਪ੍ਰਚਾਰ ਦੇ ਰਾਹ ਕਿਉਂ ਪੈ ਗਈ ਹੈ। ਸੂਬੇ ਵਿੱਚ ਦਿਨੋਂ ਦਿਨ ਵੱਧ ਰਹੀ ਮਹਿੰਗਾਈ, ਬੇਰੁਜਗਾਰੀ, ਲਗਾਤਾਰ ਮਹਿੰਗੀ ਹੁੰਦੀ ਸਿਖਿਆ ਅਤੇ ਮਹਿੰਗਾ ਇਲਾਜ ਪੰਜਾਬੀਆਂ ਦੇ ਮੁੱਖ ਮਸਲੇ ਹਨ ਪਰ ਪਿਛਲੀਆਂ ਸਰਕਾਰਾਂ ਵਾਂਗ ਮੌਜੂਦਾ ਸਰਕਾਰ ਵੀ ਇਹਨਾਂ ਮਸਲਿਆਂ ਨੂੰ ਹੱਲ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਸਰਕਾਰ ਵਲੋਂ ਭਾਵੇਂ ਥਾਂ ਥਾਂ ਤੇ ਵੱਡੇ ਬੈਨਰ ਅਤੇ ਹੋਰਡਿੰਗ ਲਗਾ ਕੇ ਵੱਡੇ ਵੱਡੇ ਐਲਾਨ (ਅਤੇ ਦਾਅਵੇ) ਕੀਤੇ ਜਾ ਰਹੇ ਹਨ, ਪਰੰਤੂ ਅਸਲੀਅਤ ਇਹੀ ਹੈ ਕਿ ਆਮ ਲੋਕਾਂ ਦੇ ਉਪਰੋਕਤ ਵੱਡੇ ਮਸਲੇ ਉਸੇ ਤਰ੍ਹਾਂ ਲਮਕ ਰਹੇ ਹਨ।
ਮੌਜੂਦਾ ਸਰਕਾਰ ਦੀ ਕਾਰਗੁਜਾਰੀ ਵਿੱਚ ਇੰਨਾ ਫਰਕ ਜਰੂਰ ਹੈ ਕਿ ਇਸਨੇ ਆਪਣੇ ਦਾਅਵਿਆਂ ਵਿੱਚ ਇਹ ਸਾਰੇ ਮਸਲੇ ਹਲ ਕਰ ਦਿੱਤੇ ਹਨ ਜਦੋਂਕਿ ਅਸਲੀਅਤ ਇਹ ਹੈ ਕਿ ਸਰਕਾਰ ਦੇ ਇਹ ਤਮਾਮ ਦਾਅਵੇ ਹਵਾ ਹਵਾਈ ਹੀ ਹਨ ਅਤੇ ਲੋਕਾਂ ਨੂੰ ਆਪਣੇ ਮਸਲਿਆਂ ਦੇ ਹਲ ਲਈ ਸੜਕਾਂ ਤੇ ਆ ਕੇ ਪ੍ਰਦਰਸ਼ਨ ਕਰਨੇ ਪੈ ਰਹੇ ਹਨ। ਜੇਕਰ ਸੱਤਾਧਾਰੀ ਆਗੂ ਇਹ ਸਮਝਦੇ ਹਨ ਕਿ ਉਹ ਆਪਣੇ ਇਹਨਾਂ ਫੋਕੇ ਦਾਅਵਿਆਂ ਅਤੇ ਝੂਠੇ ਐਲਾਨਾਂ ਦਾ ਪ੍ਰਚਾਰ ਕਰਕੇ ਜਨਤਾ ਨੂੰ ਗੁੰਮਰਾਹ ਕਰ ਸਕਦੇ ਹਨ ਤਾਂ ਇਹ ਉਹਨਾਂ ਦੀ ਗਲਤਫਹਿਮੀ ਹੈ ਅਤੇ ਅਜਿਹੇ ਦਾਅਵਿਆਂ ਨਾਲ ਉਹ ਆਮ ਜਨਤਾ ਨੂੰ ਧੋਖਾ ਨਹੀਂ ਦੇ ਸਕਦੇ। ਅਜਿਹੇ ਵੱਡੇ ਬੋਰਡਾਂ ਅਤੇ ਬੈਨਰਾਂ ਤੇ ਆਪਣੀ ਫੋਟੋ ਲਗਾ ਕੇ ਮੁੱਖ ਮੰਤਰੀ ਖੁਦ ਨੂੰ ਤਾਂ ਖੁਸ਼ ਕਰ ਸਕਦੇ ਹਨ ਪਰੰਤੂ ਜਨਤਾ ਉਹਨਾਂ ਦੇ ਕੰਮ ਤੋਂ ਕਿੰਨੀ ਕੁ ਸਤੁਸ਼ਟ ਹੈ ਇਸਦਾ ਪਤਾ ਆਉਣ ਵਾਲੀਆਂ ਚੋਣਾਂ ਦੌਰਾਨ ਉਹਨਾਂ ਦੀ ਪਾਰਟੀ ਨੂੰ ਮਿਲੀਆਂ ਸੀਟਾਂ ਨਾਲ ਜਾਹਿਰ ਹੋ ਜਾਣਾ ਹੈ।
Editorial
ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਵੱਡਾ ਮੁੱਦਾ ਬਣ ਸਕਦਾ ਹੈ ਅਮਨ ਕਾਨੂੰਨ ਦਾ ਮਸਲਾ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੀ ਅਮਨ ਕਾਨੂੰਨ ਦੀ ਗੰਭੀਰ ਹੋ ਰਹੀ ਸਥਿਤੀ ਦਾ ਮੁੱਦਾ ਉਠਾਇਆ ਹੈ। ਰਾਜਪਾਲ ਕਟਾਰੀਆ ਨੇ ਕਿਹਾ ਹੈ ਕਿ ਪੰਜਾਬ ਵਿੱਚ ਵਧ ਰਿਹਾ ਗੰਨ ਕਲਚਰ ਚਿੰਤਾ ਦਾ ਵਿਸ਼ਾ ਹੈ। ਰਾਜਪਾਲ ਨੇ ਇਹ ਵੀ ਕਿਹਾ ਹੈ ਕਿ ਪੰਜਾਬ ਵਿੱਚ ਪਟਾਕਿਆਂ ਵਾਂਗ ਹੀ ਗੋਲੀਆਂ ਚੱਲ ਰਹੀਆਂ ਹਨ। ਪੰਜਾਬ ਵਿੱਚ ਗੈਂਗਸਟਰਵਾਦ, ਨਸ਼ਿਆਂ ਅਤੇ ਨੌਜਵਾਨਾਂ ਵਿੱਚ ਹਥਿਆਰਾਂ ਪ੍ਰਤੀ ਵਧ ਰਹੀ ਖਿੱਚ ਨੇ ਸੂਬੇ ਦੇ ਭਵਿੱਖ ਬਾਰੇ ਚਿੰਤਾਵਾਂ ਵਧਾਈਆਂ ਹਨ।
ਪੰਜਾਬ ਦੇ ਰਾਜਪਾਲ ਵੱਲੋਂ ਗੰਨ ਕਲਚਰ ਪ੍ਰਤੀ ਕੀਤੀ ਗਈ ਵੱਡੀ ਟਿੱਪਣੀ ਨੇ ਕਈ ਸਵਾਲ ਖੜੇ ਕਰ ਦਿੱਤੇ ਹਨ। ਪੰਜਾਬ ਵਿੱਚ ਕੁਝ ਮਹੀਨਿਆਂ ਬਾਅਦ ਵਿਧਾਨ ਸਭਾ ਚੋਣਾਂ ਹੋਣ ਦੀ ਸੰਭਾਵਨਾ ਹੈ। ਇਹਨਾਂ ਚੋਣਾਂ ਸਬੰਧੀ ਚੋਣ ਕਮਿਸ਼ਨ ਤੋਂ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਦਿਨੋਂ ਦਿਨ ਵੱਖ ਵੱਖ ਕਾਰਨਾਂ ਕਰਕੇ ਪੰਜਾਬ ਦੀ ਸਿਆਸਤ ਵਿੱਚ ਉਬਾਲ ਆ ਰਿਹਾ ਹੈ। ਹਰ ਸਿਆਸੀ ਪਾਰਟੀ ਇਹ ਚੋਣਾਂ ਜਿੱਤਣ ਲਈ ਪੱਬਾਂ ਭਾਰ ਹੋ ਗਈ ਹੈ। ਹਰ ਸਿਆਸੀ ਪਾਰਟੀ ਵੱਲੋਂ ਹੀ ਚੋਣਾਂ ਜਿੱਤਣ ਅਤੇ ਪੰਜਾਬੀਆਂ ਦਾ ਭਰੋਸਾ ਹਾਸਲ ਕਰਨ ਲਈ ਅਨੇਕਾਂ ਮੁੱਦੇ ਉਠਾਏ ਜਾ ਰਹੇ ਹਨ।
ਇੱਕ ਪਾਸੇ ਪੰਜਾਬ ਵਿੱਚ ਕੁਝ ਸਿਆਸੀ ਪਾਰਟੀਆਂ ਵੱਲੋਂ ਨਸ਼ੇ ਦਾ ਮੁੱਦਾ ਉਠਾਇਆ ਜਾ ਰਿਹਾ ਹੈ। ਦੂਜੇ ਪਾਸੇ ਪੰਜਾਬ ਦੇ ਰਾਜਪਾਲ ਵੱਲੋਂ ਗੰਨ ਕਲਚਰ ਸਬੰਧੀ ਕੀਤੀ ਗਈ ਵੱਡੀ ਟਿੱਪਣੀ ਤੋਂ ਬਾਅਦ ਪੰਜਾਬ ਦੀ ਅਮਨ ਕਾਨੂੰਨ ਦੀ ਮੌਜੂਦਾ ਸਥਿਤੀ ਅਤੇ ਗੰਨ ਕਲਚਰ ਨੂੰ ਵੀ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੱਡਾ ਮੁੱਦਾ ਬਣਾਏ ਜਾਣ ਦੇ ਆਸਾਰ ਬਣ ਗਏ ਹਨ। ਆਮ ਲੋਕ ਉਸ ਸਮੇਂ ਹੈਰਾਨ ਹੋ ਜਾਂਦੇ ਹਨ ਜਦੋਂ ਅਨੇਕਾਂ ਸੁਰੱਖਿਆ ਗਾਰਡਾਂ ਵਿੱਚ ਘਿਰੇ ਕਿਸੇ ਸਿਆਸੀ ਆਗੂ ਵੱਲੋਂ ਆਮ ਲੋਕਾਂ ਨੂੰ ਗੰਨ ਕਲਚਰ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ ਜਾਂਦਾ ਹੈ ਅਤੇ ਪੰਜਾਬ ਵਿੱਚ ਫੈਲ ਰਹੇ ਗੰਨ ਕਲਚਰ ਨੂੰ ਘਟਾਉਣ ਲਈ ਆਮ ਲੋਕਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਜਾਂਦੀ ਹੈ।
ਆਮ ਲੋਕ ਉਸ ਸਮੇਂ ਇਹ ਵੀ ਸੋਚਦੇ ਹਨ ਕਿ ਅਜਿਹੇ ਸਿਆਸੀ ਆਗੂਆਂ ਦੇ ਆਲੇ ਦੁਆਲੇ ਹਰ ਸਮੇਂ ਹਥਿਆਰਬੰਦ ਸੁਰੱਖਿਆ ਮੁਲਾਜਮ ਰਹਿੰਦੇ ਹਨ ਤਾਂ ਫਿਰ ਉਹ ਆਮ ਲੋਕਾਂ ਨੂੰ ਹਥਿਆਰਾਂ ਤੋਂ ਦੂਰ ਰਹਿਣ ਦਾ ਸੁਨੇਹਾ ਕਿਸ ਆਧਾਰ ਤੇ ਦੇ ਰਹੇ ਹਨ। ਅਸਲ ਵਿੱਚ ਆਮ ਲੋਕ ਸਿਆਸੀ ਆਗੂਆਂ ਨੂੰ ਮਿਲੇ ਸੁਰੱਖਿਆ ਮੁਲਾਜਮਾਂ ਨੂੰ ਵੇਖ ਕੇ ਕਾਫੀ ਪ੍ਰਭਾਵਿਤ ਹੁੰਦੇ ਹਨ ਅਤੇ ਉਹਨਾਂ ਵਿੱਚ ਵੀ ਸਿਆਸੀ ਆਗੂਆਂ ਵਾਂਗ ਆਪਣੇ ਨਾਲ ਹਥਿਆਰਬੰਦ ਬਾਡੀਗਾਰਡ ਰੱਖਣ ਦੀ ਲਾਲਸਾ ਪੈਦਾ ਹੋ ਜਾਂਦੀ ਹੈ। ਪੰਜਾਬ ਵਿੱਚ ਪਿਛਲੇ ਸਮੇਂ ਦੌਰਾਨ ਕਈ ਅਜਿਹੇ ਸਿਆਸੀ ਆਗੂਆਂ ਦੀਆਂ ਵੀ ਖ਼ਬਰਾਂ ਆਈਆਂ ਜਿਹਨਾਂ ਨੇ ਸਰਕਾਰੀ ਸੁਰੱਖਿਆ ਛਤਰੀ ਲੈਣ ਲਈ ਆਪਣੇ ਉਪਰ ਖੁਦ ਹੀ ਆਪਣੇ ਬੰਦਿਆਂ ਤੋਂ ਨਕਲੀ ਹਮਲੇ ਕਰਵਾਏ ਸਨ।
ਪੰਜਾਬੀ ਨੌਜਵਾਨਾਂ ਬਾਰੇ ਕਿਹਾ ਜਾਂਦਾ ਹੈ ਕਿ ਉਹਨਾਂ ਨੂੰ ਹਥਿਆਰ ਬਹੁਤ ਪਸੰਦ ਹਨ। ਪੰਜਾਬ ਵਿੱਚ ਕਈ ਦਹਾਕਿਆਂ ਤੱਕ ਅਨੇਕਾਂ ਹਥਿਆਰਬੰਦ ਲਹਿਰਾਂ ਚੱਲੀਆਂ, ਜਿਹਨਾਂ ਨੂੰ ਭਾਵੇਂ ਪੁਲੀਸ ਸ਼ਕਤੀ ਨਾਲ ਦਬਾ ਦਿੱਤਾ ਗਿਆ ਹੈ ਪਰ ਇਹਨਾਂ ਲਹਿਰਾਂ ਵਿੱਚ ਵੱਡੀ ਗਿਣਤੀ ਨੌਜਵਾਨ ਸਿਰਫ਼ ਹਥਿਆਰਾਂ ਦੇ ਮੋਹ ਕਾਰਨ ਹੀ ਸ਼ਾਮਲ ਹੋਏ ਸਨ। ਪੰਜਾਬ ਵਿੱਚ ਹਥਿਆਰਾਂ ਦਾ ਲਾਇਸੈਂਸ ਲੈਣਾ ਬਹੁਤ ਔਖਾ ਹੈ ਪਰ ਹਥਿਆਰਾਂ ਦੇ ਇੱਕ ਲਾਇਸੈਂਸ ਤੇ ਕੋਈ ਵੀ ਵਿਅਕਤੀ ਦੋ ਹਥਿਆਰ ਰੱਖ ਸਕਦਾ ਹੈ। ਇਹੋ ਕਾਰਨ ਹੈ ਕਿ ਪੰਜਾਬ ਦੇ ਕਈ ਵਿਅਕਤੀਆਂ ਕੋਲ ਦੋ ਦੋ ਹਥਿਆਰ ਹੁੰਦੇ ਹਨ। ਖ਼ਬਰਾਂ ਤਾਂ ਇਹ ਵੀ ਆ ਰਹੀਆਂ ਹਨ ਕਿ ਪੰਜਾਬ ਵਿੱਚ ਅਨੇਕਾਂ ਲੋਕਾਂ ਕੋਲ ਗ਼ੈਰ ਕਾਨੂੰਨੀ ਹਥਿਆਰ ਵੀ ਹਨ, ਜਿਸ ਕਾਰਨ ਪੰਜਾਬ ਵਿੱਚ ਹਥਿਆਰਾਂ ਦੀ ਗਿਣਤੀ ਕਿੰਨੀ ਹੈ, ਇਸ ਬਾਰੇ ਕੁਝ ਕਿਹਾ ਨਹੀਂ ਜਾ ਸਕਦਾ ਕਿਉਂਕਿ ਗ਼ੈਰ ਕਾਨੂੰਨੀ ਹਥਿਆਰ ਕਿਸੇ ਗਿਣਤੀ ਵਿੱਚ ਨਹੀਂ ਆਉਂਦੇ।
ਪੰਜਾਬ ਵਿੱਚ ਜਿਸ ਤਰੀਕੇ ਨਾਲ ਗੰਨ ਕਲਚਰ ਵਧ ਰਿਹਾ ਹੈ, ਉਹ ਚਿੰਤਾ ਦਾ ਵਿਸ਼ਾ ਹੈ ਅਤੇ ਇਹ ਮੁੱਦਾ ਅਗਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵੱਡਾ ਮੁੱਦਾ ਬਣਨ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।
ਬਿਊਰੋ
Editorial
ਸਖ਼ਤ ਮਿਹਨਤ ਅਤੇ ਇਮਾਨਦਾਰੀ ਨਾਲ ਪੂਰੇ ਹੁੰਦੇ ਹਨ ਸੁਨਹਿਰੀ ਸੁਪਨੇ
ਜਦੋਂ ਅਸੀਂ ਮਹਾਨ ਅਤੇ ਵਿਸ਼ਵ ਜੇਤੂ ਵਿਅਕਤੀਆਂ ਦੀਆਂ ਸਵੈ -ਜੀਵਨੀਆਂ ਪੜ੍ਹਦੇ ਹਾਂ ਤਾਂ ਪਤਾ ਚੱਲਦਾ ਹੈ ਕਿ ਇਹਨਾਂ ਨੇ ਵਿਸ਼ਵ ਜੇਤੂ ਬਣਨ ਦਾ ਸੁਪਨਾ ਆਪਣੇ ਬਚਪਣ ਵਿੱਚ ਹੀ ਵੇਖਿਆ ਸੀ। ਪ੍ਰਸਿੱਧ ਖਿਡਾਰੀਆਂ ਵੱਲੋਂ ਵੀ ਬਚਪਣ ਵਿੱਚ ਆਪਣੇ ਨਿੱਕੇ ਨਿੱਕੇ ਕੋਮਲ ਹੱਥਾਂ ਵਿੱਚ ਟੈਨਿਸ, ਬੈਡਮਿੰਟਨ ਦਾ ਰੈਕਟ, ਕ੍ਰਿਕਟ ਦਾ ਬੈਟ ਅਤੇ ਹਾਕੀ ਫੜਕੇ ਲਿਆ ਗਿਆ ਵਿਸ਼ਵ ਜੇਤੂ ਬਣਨ ਦਾ ਸੁਪਨਾ ਪੂਰੀ ਦੁਨੀਆ ਨੇ ਇੱਕ ਦਿਨ ਪੂਰਾ ਹੁੰਦਾ ਜਰੂਰ ਵੇਖਿਆ ਹੁੰਦਾ ਹੈ।
ਇਹਨਾਂ ਸੁਪਨਿਆਂ ਨੂੰ ਸੱਚ ਵਿੱਚ ਤਬਦੀਲ ਕਰਨ ਲਈ ਚੰਗੇ ਮਾਰਗ ਦਰਸ਼ਨ ਦੀ ਲੋੜ ਹੁੰਦੀ ਹੈ ਅਤੇ ਜੇਕਰ ਜ਼ਿੰਦਗੀ ਦੀ ਡੋਰ ਬਚਪਣ ਵਿੱਚ ਹੀ ਸਹੀ ਹੱਥਾਂ ਵਿੱਚ ਚਲੀ ਜਾਵੇ ਤਾਂ ਹਰ ਬੱਚੇ ਦੀ ਜ਼ਿੰਦਗੀ ਬਣ ਜਾਂਦੀ ਹੈ। ਜ਼ਿੰਦਗੀ ਦੀ ਡੋਰ ਫੜਨ ਵਾਲੇ ਵਿਅਕਤੀ ਨੂੰ ਵੀ ਇਹ ਚੰਗੀ ਤਰ੍ਹਾਂ ਪਤਾ ਹੋਣਾ ਚਾਹੀਦਾ ਹੈ ਕਿ ਉਸਨੇ ਬੱਚੇ ਦੀ ਜ਼ਿੰਦਗੀ ਰੂਪੀ ਡੋਰ ਨੂੰ ਕਦੋਂ ਢਿੱਲ ਦੇਣੀ ਹੈ ਅਤੇ ਕਦੋਂ ਖਿੱਚਣੀ ਹੈ। ਇਸ ਡੋਰ ਵਿੱਚ ਲਚਕੀਲਾਪਣ ਹੋਣਾ ਜ਼ਰੂਰੀ ਹੁੰਦਾ ਹੈ। ਵਧੇਰੇ ਢਿੱਲੀ ਡੋਰ ਵੀ ਕਿਸੇ ਕੰਮ ਦੀ ਨਹੀਂ ਹੁੰਦੀ ਅਤੇ ਖਿੱਚ ਮਾਰਨ ਨਾਲ ਡੋਰ ਦੇ ਟੁੱਟਣ ਦਾ ਖ਼ਤਰਾ ਪੈਦਾ ਹੋ ਜਾਂਦਾ ਹੈ।
ਇਸੇ ਲਈ ਕਿਹਾ ਜਾਂਦਾ ਹੈ ਕਿ ਬੱਚਿਆਂ ਉੱਪਰ ਪੜਾਈ ਦਾ ਓਨਾ ਕੁ ਭਾਰ ਪਾਓ, ਜਿੰਨਾ ਕੁ ਉਹ ਸਹਿਜੇ ਹੀ ਚੁੱਕ ਸਕਣ। ਜਿਹੜੇ ਬੱਚੇ ਬਚਪਣ ਅਤੇ ਅੱਲ੍ਹੜ ਉਮਰ ਵਿੱਚ ਸਖ਼ਤ ਮਿਹਨਤ ਕਰ ਲੈਂਦੇ ਹਨ, ਉਹ ਜ਼ਿੰਦਗੀ ਭਰ ਚੰਗਾ ਜੀਵਨ ਬਤੀਤ ਕਰਦੇ ਹਨ। ਦੂਜੇ ਪਾਸੇ ਜਿਹੜੇ ਬੱਚੇ ਬਚਪਣ ਵਿੱਚ ਆਪਣੀ ਜ਼ਿੰਦਗੀ ਪ੍ਰਤੀ ਅਵੇਸਲੇ ਰਹਿੰਦੇ ਹਨ ਉਹ ਜ਼ਿੰਦਗੀ ਦੇ ਰਾਹ ਵਿੱਚ ਵਿਖਰ ਜਾਂਦੇ ਹਨ। ਕਈ ਬੱਚੇ ਬਚਪਣ ਵਿੱਚ ਹੀ ਬਿਖੜੇ ਪੈਂਡਿਆਂ ਦੇ ਰਾਹੀ ਬਣ ਜਾਂਦੇ ਹਨ। ਕੋਈ ਬੱਚਾ ਬਚਪਣ ਵਿੱਚ ਪੁਲਾੜ ਵਿਗਿਆਨੀ ਬਣਨ ਦਾ ਸੁਪਨਾ ਲੈਂਦਾ ਹੈ। ਕੋਈ ਬੱਚਾ ਬਚਪਣ ਵਿੱਚ ਹੀ ਕੈਨੇਡਾ, ਅਮਰੀਕਾ ਅਤੇ ਆਸਟ੍ਰੇਲੀਆ ਜਾਣ ਦਾ ਸੁਪਨਾ ਲੈਂਦਾ ਹੈ। ਵੱਡੀ ਗਿਣਤੀ ਬੱਚੇ ਵੱਡੇ ਹੋ ਕੇ ਕੁਝ ਵੱਡਾ ਕਰਨ ਦਾ ਸੁਪਨਾ ਜ਼ਰੂਰ ਵੇਖਦੇ ਹਨ, ਲੋੜ ਤਾਂ ਇਹਨਾਂ ਸੁਪਨਿਆਂ ਨੂੰ ਪੂੁਰਾ ਕਰਨ ਲਈ ਉਚਿੱਤ ਮਾਹੌਲ ਦੇਣ ਦੀ ਹੈ।
ਸੁਪਨਿਆਂ ਦੀ ਉਡਾਣ ਮਨੁੱਖ ਨੂੰ ਉਸ ਉਚਾਈ ਤੇ ਪਹੁੰਚਣ ਲਈ ਦਿਨ-ਰਾਤ ਪ੍ਰੇਰਿਤ ਕਰਦੀ ਹੈ ਜਿਸਨੂੰ ਉਹ ਪ੍ਰਾਪਤ ਕਰਨਾ ਚਾਹੁੰਦਾ ਹੈ। ਇਸ ਵਿੱਚ ਕੋਈ ਸ਼ੱਕ ਨਹੀਂ ਕਿ ਰੁਕਾਵਟਾਂ ਅਤੇ ਮੁਸ਼ਕਿਲਾਂ ਦਾ ਸਾਹਮਣਾ ਵਾਰ-ਵਾਰ ਕਰਨਾ ਪੈਂਦਾ ਹੈ ਪਰ ਅਸਲ ਵਿੱਚ ਜਿੱਤ ਦਾ ਤਾਜ ਵੀ ਉਸ ਦੇ ਸਿਰ ਹੀ ਸਜਦਾ ਹੈ ਜੋ ਮੁਸ਼ਕਿਲਾਂ ਤੋਂ ਘਬਰਾਉਂਦਾ ਨਹੀਂ ਬਲਕਿ ਅਸਫਲਤਾ ਨੂੰ ਆਪਣੀ ਸਕਾਰਾਤਮਕ ਸੋਚ ਸਦਕਾ ਇੱਕ ਹੋਰ ਮੌਕੇ ਦੀ ਭਾਲ ਦੇ ਰੂਪ ਵਿੱਚ ਹੀ ਦੇਖਦਾ ਹੈ। ਕਹਿੰਦੇ ਹਨ ਇੱਕ ਵਾਰ ਕਿਸੇ ਨੇ ਥਾਮਸ ਐਡੀਸਨ ਨੂੰ ਪੁੱਛਿਆ ਕਿ ਉਸ ਨੂੰ ਨਿਰਾਸ਼ਾ ਨਹੀਂ ਹੋਈ ਕਿਉਂਕਿ ਉਹ 10,000 ਵਾਰ ਅਸਫਲ ਰਹਿਣ ਤੋਂ ਬਾਅਦ ਬਲਬ ਬਣਾ ਸਕਿਆ ਤਾਂ ਉਸ ਨੇ ਜਵਾਬ ਦਿੱਤਾ ਕਿ ਨਹੀਂ ਬਲਕਿ ਮੈਨੂੰ ਇਹ ਪਤਾ ਲੱਗਿਆ ਕਿ 10,000 ਤਰੀਕੇ ਅਜਿਹੇ ਹਨ ਜਿਨ੍ਹਾਂ ਨਾਲ ਇਹ ਨਹੀਂ ਬਣ ਸਕਦਾ। ਉਹਨਾਂ ਦਾ ਆਤਮ-ਵਿਸ਼ਵਾਸ ਅਤੇ ਸਕਾਰਾਤਮਕ ਸੋਚ ਹੀ ਉਹਨਾਂ ਨੂੰ ਸਫਲ ਬਣਾ ਸਕੀ।
ਜੇ ਕੋਈ ਮਨੁੱਖ ਨਿਰਾਸ਼ਾ ਦੇ ਹਨੇਰੇ ਵਿੱਚ ਡੁੱਬ ਜਾਵੇ ਤਾਂ ਉਹ ਕਦੇ ਵੀ ਸਫਲਤਾ ਦਾ ਸੁਆਦ ਨਹੀਂ ਲੈ ਸਕੇਗਾ। ਹਰ ਹਨੇਰੀ ਰਾਤ ਤੋਂ ਬਾਅਦ ਦਿਨ ਦਾ ਉਜਾਲਾ ਵੀ ਆਉਂਦਾ ਹੈ। ਇਸ ਲਈ ਸੁਪਨਿਆਂ ਨੂੰ ਪੂਰਾ ਕਰਨ ਵਿੱਚ ਮਿਲੀ ਅਸਫ਼ਲਤਾ ਤੋਂ ਘਬਰਾਉਣਾ ਨਹੀਂ ਚਾਹੀਦਾ ਬਲਕਿ ਪਹਿਲਾਂ ਨਾਲੋਂ ਵੀ ਵਧੇਰੇ ਮਿਹਨਤ ਕਰਨੀ ਚਾਹੀਦੀ ਹੈ।
ਬਿਊਰੋ
-
International2 months agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International4 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International1 month agoਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਮਿਲਟਰੀ ਬੇਸ ਤੇ ਅੱਗ ਲੱਗਣ ਕਾਰਨ 4 ਫ਼ੌਜੀ ਜਵਾਨ ਸ਼ਹੀਦ, 39 ਜ਼ਖਮੀ
-
International1 month agoਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ
-
Chandigarh1 month ago
ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਹੋਈ ਪਹਿਲੀ ਗ੍ਰਿਫਤਾਰੀ
