Connect with us

Editorial

ਕੀ ਪੰਜਾਬ ਕਾਂਗਰਸ ਦੇ ਬਿਖਰੇ ਖਿਡਾਰੀਆਂ ਨੂੰ ਇਕੱਠੇ ਕਰਕੇ ਜਿੱਤ ਦਾ ਗੋਲ ਦਾਗਣ ਦੇ ਸਮਰਥ ਹੋਣਗੇ ਪਰਗਟ ਸਿੰਘ?

Published

on

ਪੰਜਾਬ ਦੀ ਸਿਆਸਤ ਨਿੱਤ ਦਿਨ ਨਵੀਂ ਕਰਵਟ ਲੈ ਰਹੀ ਹੈ। ਇਸ ਸਮੇਂ ਪੰਜਾਬ ਵਿੱਚ ਸਭ ਤੋਂ ਵਧੇਰੇ ਚਰਚਾ ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ (ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਅਤੇ ਉਲੰਪੀਅਨ) ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੀ ਹੋ ਰਹੀ ਹੈ। ਇਹ ਠੀਕ ਹੈ ਕਿ ਪਰਗਟ ਸਿੰਘ ਦੇ ਅਹੁੱਦਾ ਸੰਭਾਲਨ ਮੌਕੇ ਪੰਜਾਬ ਕਾਂਗਰਸ ਦੇ ਸਾਰੇ ਧੜੇ ਇਕੱਠੇ ਨਜ਼ਰ ਆਏ ਸਨ ਪਰ ਇਹਨਾਂ ਧੜਿਆਂ ਦੇ ਆਗੂਆਂ ਦੇ ਆਪਸ ਵਿੱਚ ਦਿਲ ਨਾ ਮਿਲੇ। ਜਿਸ ਤੋਂ ਇਹ ਅਹਿਸਾਸ ਹੁੰਦਾ ਹੈ ਕਿ ਪੰਜਾਬ ਕਾਂਗਰਸ ਵਿਚੋਂ ਧੜੇਬੰਦੀ ਖਤਮ ਕਰਨਾ ਅਤੇ ਸਾਰੇ ਧੜਿਆਂ ਨੂੰ ਇਕੱਠੇ ਕਰਨਾ ਪਰਗਟ ਸਿੰਘ ਲਈ ਨਵੀਂ ਚੁਣੌਤੀ ਹੋਵੇਗਾ।

ਪਰਗਟ ਸਿੰਘ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਇੱਕ ਦਮ ਸੁਰਖ਼ੀਆਂ ਵਿੱਚ ਆ ਗਏ ਹਨ। ਹੁਣ ਤੱਕ ਪਰਗਟ ਸਿੰਘ ਬਾਰੇ ਬਹੁਤ ਕੁਝ ਲਿਖਿਆ ਅਤੇ ਕਿਹਾ ਜਾ ਚੁੱਕਿਆ ਹੈ ਪਰ ਸਵਾਲ ਉਹੀ ਹੈ ਕਿ ਕੀ ਖੇਡ ਦੇ ਮੈਦਾਨ ਵਿੱਚ ਸ਼ਾਨਦਾਰ ਡਿਫੈਂਸ ਅਤੇ ਰਣਨੀਤੀ ਦਿਖਾਉਣ ਵਾਲਾ ਇਹ ਕਪਤਾਨ, ਪੰਜਾਬ ਕਾਂਗਰਸ ਦੇ ਬਿਖਰੇ ਖਿਡਾਰੀਆਂ ਨੂੰ ਇਕੱਠੇ ਕਰਕੇ ਜਿੱਤ ਦਾ ਗੋਲ ਦਾਗ਼ ਸਕੇਗਾ?

ਪਰਗਟ ਸਿੰਘ ਦੇ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਨਿਰਪੱਖ ਸਿੱਖ ਹਲਕਿਆਂ ਵਿੱਚ ਵੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਕਿਉਂਕਿ ਪਰਗਟ ਸਿੰਘ ਸਿਆਸਤ ਵਿੱਚ ਆਉਣ ਤੋਂ ਪਹਿਲਾਂ ਭਾਰਤੀ ਹਾਕੀ ਦੇ ਕਪਤਾਨ ਰਹਿ ਚੁੱਕੇ ਹਨ ਅਤੇ ਇੱਕ ਸੀਨੀਅਰ ਖਿਡਾਰੀ ਵਜੋਂ ਉਹਨਾਂ ਦੀ ਵੱਡੀ ਪਹਿਚਾਣ ਹੈ। ਭਾਰਤ ਦੀ ਹਾਕੀ ਦੀ ਟੀਮ ਦੇ ਕਪਤਾਨ ਹੁੰਦਿਆਂ ਉਹ ਬੜੀ ਸੂਝਬੂਝ ਅਤੇ ਵਿਸ਼ੇਸ ਰਣਨੀਤੀ ਨਾਲ ਹਾਕੀ ਮੈਚ ਖੇਡਦੇ ਹੁੰਦੇ ਸਨ। ਸਾਰੀ ਟੀਮ ਦੇ ਖਿਡਾਰੀਆਂ ਨੂੰ ਸਹੀ ਢੰਗ ਨਾਲ ਖਿਡਾਉਣਾ ਅਤੇ ਆਪ ਖੇਡਣਾ ਉਹਨਾਂ ਨੂੰ ਚੰਗੀ ਤਰ੍ਹਾਂ ਆਉਂਦਾ ਹੈ। ਇਸ ਸਮੇਂ ਉਹ ਪੰਜਾਬ ਕਾਂਗਰਸ ਦੀ ਟੀਮ ਨੂੰ ਵੀ ਹਾਕੀ ਟੀਮ ਵਾਂਗ ਲੈ ਰਹੇ ਹਨ ਅਤੇ ਕਹਿ ਰਹੇ ਹਨ ਕਿ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਚੰਗੇ ਫੁੱਲਬੈਕ, ਚੰਗੇ ਫਾਰਵਰਡ ਅਤੇ ਚੰਗੇ ਗੋਲਕੀਪਰ ਹਨ।

ਪੰਜਾਬ ਕਾਂਗਰਸ ਦਾ ਇਤਿਹਾਸ ਗਵਾਹ ਹੈ ਕਿ ਪਾਰਟੀ ਜਿੰਨਾ ਬਾਹਰੀ ਵਿਰੋਧੀਆਂ ਤੋਂ ਨਹੀਂ ਹਾਰਦੀ, ਉਸ ਤੋਂ ਵੱਧ ਆਪਣੀ ਹੀ ਅੰਦਰੂਨੀ ਫੁੱਟ ਕਾਰਨ ਖ਼ੁਆਰ ਹੁੰਦੀ ਹੈ, ਜਿਹੜੀ ਇਸ ਵੇਲੇ ਵੀ ਬੁਰੀ ਤਰ੍ਹਾਂ ਫੁੱਟ ਦੀ ਸ਼ਿਕਾਰ ਹੈ ਅਤੇ ਇਹ ਫੁੱਟ ਜਨਤਕ ਵੀ ਹੋ ਚੁੱਕੀ ਹੈ। ਜਿਸ ਕਰਕੇ ਟੁਕੜਿਆਂ ਵਿੱਚ ਵੰਡੀ ਕਾਂਗਰਸ ਨੂੰ ਇੱਕਠਾ ਕਰਨਾ ਵੀ ਪਰਗਟ ਸਿੰਘ ਲਈ ਇੱਕ ਚੁਣੌਤੀ ਹੈ।

ਪਰਗਟ ਸਿੰਘ ਨੇ ਪੰਜਾਬ ਇਕਾਈ ਦਾ ਪ੍ਰਧਾਨ ਬਣਨ ਤੋਂ ਬਾਅਦ ਆਮ ਸਿੱਖਾਂ ਨੂੰ ਕਾਂਗਰਸ ਨਾਲ ਜੋੜਨ ਦਾ ਯਤਨ ਵੀ ਸ਼ੁਰੂ ਕਰ ਦਿੱਤਾ ਹੈ। ਪੰਜਾਬ ਦਾ ਇਤਿਹਾਸ ਗਵਾਹ ਹੈ ਕਿ ਕਾਂਗਰਸ ਨੂੰ ਅਕਸਰ ਸਿੱਖ ਵਿਰੋਧੀ ਪਾਰਟੀ ਕਿਹਾ ਜਾਂਦਾ ਹੈ ਪਰ ਇਸ ਦੇ ਬਾਵਜੂਦ ਪੰਜਾਬ ਕਾਂਗਰਸ ਕੁਝ ਚੰਗੇ ਸਿੱਖ ਆਗੂਆਂ ਕਾਰਨ ਪੰਜਾਬ ਵਿੱਚ ਕਈ ਵਾਰ ਸਰਕਾਰ ਬਣਾਉਣ ਵਿੱਚ ਕਾਮਯਾਬ ਹੋ ਚੁੱਕੀ ਹੈ। ਕਾਂਗਰਸ ਹਾਈ ਕਮਾਂਡ ਨੇ ਪਰਗਟ ਸਿੰਘ ਨੂੰ ਪੰਜਾਬ ਇਕਾਈ ਦਾ ਪ੍ਰਧਾਨ ਵੀ ਇਸੇ ਰਣਨੀਤੀ ਤਹਿਤ ਬਣਾਇਆ ਹੈ ਕਿ ਪਰਗਟ ਸਿੰਘ ਆਪਣੀ ਨਿਰਪੱਖ ਛਵੀ ਨਾਲ ਪੰਜਾਬ ਦੇ ਆਮ ਸਿੱਖ ਵਰਗ ਨੂੰ ਕਾਂਗਰਸ ਨਾਲ ਜੋੜ ਸਕਣ।

ਪਹਿਲਾਂ ਕਾਂਗਰਸ ਵਿੱਚ ਗਿਆਨੀ ਜੈਲ ਸਿੰਘ ਅਤੇ ਕੈਪਟਨ ਅਮਰਿੰਦਰ ਸਿੰਘ ਵਰਗੇ ਨੇਤਾ ਰਹੇ ਹਨ, ਜੋ ਆਮ ਸਿੱਖਾਂ ਨੂੰ ਕਾਂਗਰਸ ਨਾਲ ਜੋੜਨ ਵਿੱਚ ਕਾਮਯਾਬ ਹੋ ਗਏ ਸਨ। ਜਦੋਂ ਸz. ਮਨਮੋਹਨ ਸਿੰਘ ਭਾਰਤ ਦੇ ਪ੍ਰਧਾਨ ਮੰਤਰੀ ਬਣੇ ਸਨ ਤਾਂ ਵੱਡੀ ਗਿਣਤੀ ਵਿੱਚ ਆਮ ਸਿੱਖ ਕਾਂਗਰਸ ਨਾਲ ਜੁੜ ਗਏ ਸਨ। ਪੰਜਾਬ ਵਿੱਚ ਸਿੱਖ ਭਾਈਚਾਰਾ ਬਹੁ ਗਿਣਤੀ ਵਿੱਚ ਹੈ ਅਤੇ ਇਹ ਭਾਈਚਾਰਾ ਕਿਸੇ ਵੀ ਸਿਆਸੀ ਪਾਰਟੀ ਦੀ ਜਿੱਤ ਹਾਰ ਦਾ ਫੈਸਲਾ ਕਰਨ ਵਿੱਚ ਮੋਹਰੀ ਭੂਮਿਕਾ ਨਿਭਾਉਂਦਾ ਹੈ। ਇਸ ਕਰਕੇ ਪਰਗਟ ਸਿੰਘ ਵੱਲੋਂ ਹੁਣ ਆਮ ਸਿੱਖਾਂ ਨੂੰ ਕਾਂਗਰਸ ਨਾਲ ਜੋੜਨ ਦੇ ਯਤਨ ਸ਼ੁਰੂ ਕਰਕੇ ਕਾਂਗਰਸ ਦੀ ਸਥਿਤੀ ਨੂੰ ਮਜਬੂਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ।

ਪਰਗਟ ਸਿੰਘ ਸਾਹਮਣੇ ਸਭ ਤੋਂ ਵੱਡੀ ਤੇ ਪਹਿਲੀ ਚੁਣੌਤੀ ‘ਸੀਨੀਅਰਜ਼ ਕਲੱਬ’ ਨੂੰ ਇੱਕ ਮੰਚ ਤੇ ਲਿਆਉਣ ਦੀ ਹੈ। ਪੰਜਾਬ ਕਾਂਗਰਸ ਵਿੱਚ ਆਗੂਆਂ ਦੀ ਨਹੀਂ, ਸਗੋਂ ਮੁੱਖ ਮੰਤਰੀ ਦੇ ਦਾਅਵੇਦਾਰਾਂ ਦੀ ਭਰਮਾਰ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਮਨੀਸ਼ ਤਿਵਾੜੀ, ਰਾਣਾ ਕੇ. ਪੀ. ਸਿੰਘ ਅਤੇ ਰਾਜਾ ਵੜਿੰਗ ਵਰਗੇ ਆਗੂ ਆਪੋ-ਆਪਣੇ ਇਲਾਕਿਆਂ ਵਿੱਚ ਵੱਡਾ ਆਧਾਰ ਰੱਖਦੇ ਹਨ। ਇਹ ਸਾਰੇ ਆਗੂ ਸੁਤੰਤਰ ਧੁਰੇ ਹਨ ਜੋ ਕਿਸੇ ਦੀ ਸਰਦਾਰੀ ਆਸਾਨੀ ਨਾਲ ਕਬੂਲ ਨਹੀਂ ਕਰਦੇ।

ਹਾਕੀ ਵਿੱਚ ਜੇਕਰ ਇੱਕ ਖਿਡਾਰੀ ਗੇਂਦ ਆਪਣੇ ਕੋਲ ਹੀ ਰੱਖੇ ਅਤੇ ਪਾਸ ਨਾ ਦੇਵੇ ਤਾਂ ਮੈਚ ਹੱਥੋਂ ਨਿਕਲ ਜਾਂਦਾ ਹੈ। ਇਹੀ ਹਾਲਤ ਕਾਂਗਰਸ ਦੀ ਹੈ। ਪਰਗਟ ਸਿੰਘ ਨੂੰ ਇਹ ਯਕੀਨੀ ਬਣਾਉਣਾ ਪਵੇਗਾ ਕਿ ਹਰ ਸੀਨੀਅਰ ਨੇਤਾ ਪਾਰਟੀ ਹਿੱਤ ਲਈ ਨਿੱਜੀ ਅਹੰਕਾਰ ਨੂੰ ਪਾਸੇ ਰੱਖ ਕੇ ਇੱਕਜੁੱਟ ਹੋਵੇ। ਕਾਂਗਰਸ ਪਾਰਟੀ ਵੱਲੋਂ ਅਗਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਵਿਸ਼ੇਸ਼ ਰਣਨੀਤੀ ਬਣਾ ਲਈ ਗਈ ਹੈ ਅਤੇ ਕਾਂਗਰਸ ਹਰ ਹਾਲਤ ਵਿੱਚ ਇਹ ਚੋਣਾਂ ਜਿੱਤਣਾ ਚਾਹੁੰਦੀ ਹੈ। ਇਹੋ ਕਾਰਨ ਹੈ ਕਿ ਕਾਂਗਰਸ ਵੱਲੋਂ ਹੁਣ ਪੰਜਾਬ ਕਾਂਗਰਸ ਦੇ ਸਾਰੇ ਆਗੂਆਂ ਨੂੰ ਆਪਸ ਵਿੱਚ ਏਕਤਾ ਕਰਨ ਲਈ ਦਬਾਓ ਪਾਇਆ ਜਾ ਰਿਹਾ ਹੈ।

ਕਾਂਗਰਸ ਆਗੂ ਕਾਂਗਰਸ ਪਾਰਟੀ ਨੂੰ ਸਭ ਤੋਂ ਵੱਧ ਤਜਰਬੇਕਾਰ ਪਾਰਟੀ ਦਸ ਰਹੇ ਹਨ ਅਤੇ ਦਾਅਵਾ ਕਰ ਰਹੇ ਹਨ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਹੀ ਜਿੱਤ ਹੋਵੇਗੀ ਪਰ ਇਹ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਪਰਗਟ ਸਿੰਘ ਦੀ ਅਗਵਾਈ ਵਿੱਚ ਪੰਜਾਬ ਕਾਂਗਰਸ ਪੰਜਾਬ ਦੀ ਰਾਜਨੀਤੀ ਵਿੱਚ ਕੀ ਭੂਮਿਕਾ ਵਿਖਾਉਂਦੀ ਹੈ।

ਬਿਊਰੋ

Continue Reading

Editorial

ਜਨਤਕ ਥਾਵਾਂ ਤੇ ਖੁੱਲੇਆਮ ਹੁੰਦੀ ਸਿਗਰਟਨੋਸ਼ੀ ਤੇ ਰੋਕ ਲਗਾਉਣ ਲਈ ਵਿਸ਼ੇਸ਼ ਮੁਹਿੰਮ ਚਲਾਏ ਪ੍ਰਸ਼ਾਸ਼ਨ

Published

on

By

ਪੰਜਾਬ ਸਰਕਾਰ ਵਲੋਂ ਭਾਵੇਂ ਕਈ ਸਾਲ ਪਹਿਲਾਂ ਤੋਂ ਸਾਡੇ ਸ਼ਹਿਰ ਅਤੇ ਜਿਲ੍ਹੇ ਨੂੰ ਤੰਬਾਕੂ ਦੇ ਧੂਏਂ ਤੋਂ ਰਹਿਤ ਸ਼ਹਿਰ ਅਤੇ ਜਿਲ੍ਹੇ ਦਾ ਦਰਜਾ ਦਿੱਤਾ ਜਾ ਚੁੱਕਿਆ ਹੈ ਪਰੰਤੂ ਇਸਦੇ ਬਾਵਜੂਦ ਇੱਥੇ ਜਨਤਕ ਥਾਵਾਂ ਤੇ ਖੁੱਲੇਆਮ ਸਿਗਰਟਨੋਸ਼ੀ ਕੀਤੇ ਜਾਣ ਅਤੇ ਨਾਜ਼ਾਇਜ਼ ਕਬਜੇ ਕਰਕੇ ਤੰਬਾਕੂਨੋਸ਼ੀ ਦਾ ਸਾਮਾਨ ਵੇਚਣ ਦੀ ਕਾਰਵਾਈ ਆਮ ਦਿਖ ਜਾਂਦੀ ਹੈ। ਇਸ ਸੰਬੰਧੀ ਸਥਾਨਕ ਪ੍ਰਸ਼ਾਸ਼ਨ ਵਲੋਂ ਸ਼ਹਿਰ ਅਤੇ ਇਸਦੇ ਆਸ ਪਾਸ ਦੇ ਖੇਤਰ ਵਿੱਚ ਜਨਤਕ ਥਾਵਾਂ ਤੇ ਖੁੱਲੇਆਮ ਹੁੰਦੀ ਸਿਗਰਟਨੋਸ਼ੀ ਅਤੇ ਤੰਬਾਕੂਨੋਸ਼ੀ ਦੇ ਸਾਮਾਨ ਦੀ ਵਿਕਰੀ ਤੇ ਕਾਬੂ ਕਰਨ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਦਾਅਵੇ ਵੀ ਬਹੁਤ ਕੀਤੇ ਜਾਂਦੇ ਹਨ ਪਰੰਤੂ ਇਹ ਦਾਅਵੇ ਪੂਰੀ ਤਰ੍ਹਾਂ ਹਵਾ ਹਵਾਈ ਹੀ ਸਾਬਿਤ ਹੁੰਦੇ ਰਹੇ ਹਨ। ਜਮੀਨੀ ਹਾਲਾਤ ਇਹ ਹਨ ਕਿ ਸ਼ਹਿਰ ਅਤੇ ਇਸਦੇ ਆਸਪਾਸ ਦੇ ਖੇਤਰ ਵਿੱਚ ਥਾਂ ਥਾਂ ਤੇ ਤੰਬਾਕੂਨੋਸ਼ੀ ਦਾ ਸਾਮਾਨ ਵੇਚਣ ਵਾਲੀਆਂ ਅਨੇਕਾਂ ਫੜੀਆਂ ਲੱਗਦੀਆਂ ਹਨ, ਜਿਹਨਾਂ ਰਾਂਹੀ ਆਮ ਲੋਕਾਂ ਨੂੰ ਸਿਗਰਟ, ਬੀੜੀ, ਜਰਦਾ ਅਤੇ ਤੰਬਾਕੂ ਦਾ ਅਜਿਹਾ ਹੋਰ ਸਾਮਾਨ ਵੇਚਿਆ ਜਾਂਦਾ ਹੈ।

ਜਨਤਕ ਥਾਵਾਂ ਤੇ ਕੀਤੀ ਜਾਂਦੀ ਤੰਬਾਕੂਨੋਸ਼ੀ ਦੇ ਸਾਮਾਨ ਦੀ ਵਿਕਰੀ ਦੀ ਇਹ ਕਾਰਵਾਈ ਭਾਵੇਂ ਸਜਾਯੋਗ ਅਪਰਾਧ ਦੇ ਦਾਇਰੇ ਵਿੱਚ ਆਉਂਦੀ ਹੈ ਅਤੇ ਕੇਂਦਰ ਸਰਕਾਰ ਵਲੋਂ ਕਈ ਸਾਲ ਪਹਿਲਾਂ ਦੇਸ਼ ਭਰ ਵਿੱਚ ਕਈ ਸਾਲ ਪਹਿਲਾਂ ਤੰਬਾਕੂਨੋਸ਼ੀ ਵਿਰੋਧੀ ਕਾਨੂੰਨ ਵੀ ਲਾਗੂ ਕੀਤਾ ਜਾ ਚੁੱਕਿਆ ਹੈ ਜਿਸਦੇ ਤਹਿਤ ਅਜਿਹਾ ਕਰਨ ਵਾਲੇ ਵਿਅਕਤੀ ਨੂੰ ਫੜੇ ਜਾਣ ਤੇ ਪਹਿਲਾਂ ਜੁਰਮਾਨਾ ਅਤੇ ਦੁਬਾਰਾ ਫੜੇ ਜਾਣ ਤੇ ਜੇਲ੍ਹ ਵੀ ਭੇਜਿਆ ਜਾ ਸਕਦਾ ਹੈ। ਪਰੰਤੂ ਇਸਦੇ ਬਾਵਜੂਦ ਸ਼ਹਿਰ ਅਤੇ ਆਸਪਾਸ ਦੇ ਖੇਤਰ ਵਿੱਚ ਇਸ ਕਾਰਵਾਈ ਨੂੰ ਖੁੱਲ੍ਹੇਆਮ ਅੰਜਾਮ ਦਿੱਤਾ ਜਾਂਦਾ ਹੈ।

ਸ਼ਹਿਰ ਦੇ ਵੱਖ ਵੱਖ ਫੇਜ਼ਾਂ ਦੀਆਂ ਮਾਰਕੀਟਾਂ ਦੀਆਂ ਪਾਰਕਿੰਗਾਂ ਅਤੇ ਸ਼ੋਰੂਮਾਂ ਵਿੱਚ ਪਈਆਂ ਖਾਲੀ ਥਾਵਾਂ ਵਿੱਚ ਆਪਣੇ ਠੀਏ ਬਣਾ ਕੇ ਚਾਹ ਅਤੇ ਹੋਰ ਨਿੱਕ ਸੁੱਕ ਵੇਚਣ ਵਾਲੇ ਅਜਿਹੇ ਕਈ ਦੁਕਾਨਦਾਰ ਹਨ ਜਿਹੜੇ ਤੰਬਾਕੂਨੋਸ਼ੀ ਦੇ ਸਾਮਾਨ ਦੀ ਵਿਕਰੀ ਵੀ ਕਰਦੇ ਹਨ ਅਤੇ ਇਹਨਾਂ ਫੜੀ ਵਾਲਿਆਂ ਦੇ ਆਸ ਪਾਸ ਖੜ੍ਹੇ ਲੋਕਾਂ ਵਲੋਂ ਜਨਤਕ ਤੌਰ ਤੇ ਕੀਤੀ ਜਾਂਦੀ ਸਿਗਰਟਨੋਸ਼ੀ ਦੀਆਂ ਸ਼ਿਕਾਇਤਾਂ ਵੀ ਆਮ ਹਨ। ਇਸੇ ਤਰ੍ਹਾਂ ਮੁੱਖ ਸੜਕਾਂ ਦੇ ਕਿਨਾਰੇ ਵੀ ਪੇੜਾਂ ਥੱਲੇ ਆਪਣੇ ਝੋਲੇ ਰੱਖ ਕੇ ਤੰਬਾਕੂਨੋਸ਼ੀ ਦਾ ਸਾਮਾਨ ਵੇਚਣ ਵਾਲੇ ਅਜਿਹੇ ਫੜੀਆਂ ਵਾਲੇ ਨਜਰ ਆ ਜਾਂਦੇ ਹਨ। ਇਸ ਸੰਬੰਧੀ ਸਥਾਨਕ ਵਸਨੀਕਾਂ ਨਾਲ ਗੱਲ ਕਰੀਏ ਤਾਂ ਉਹ ਸਾਫ ਕਹਿੰਦੇ ਹਨ ਕਿ ਸਥਾਨਕ ਪ੍ਰਸ਼ਾਸ਼ਨ ਵਲੋਂ ਇਸ ਤਰੀਕੇ ਨਾਲ ਕੀਤੀ ਜਾਂਦੀ ਸਿਗਰਟਨੋਸ਼ੀ ਅਤੇ ਅਣਅਧਿਕਾਰਤ ਤਰੀਕੇ ਨਾਲ ਹੁੰਦੀ ਤੰਬਾਕੂ ਉਤਪਾਦਾਂ ਦੀ ਵਿਕਰੀ ਦੀ ਕਾਰਵਾਈ ਨੂੰ ਸਖਤੀ ਨਾਲ ਰੋਕਣ ਦੀ ਥਾਂ ਇਸਨੂੰ ਅਣਦੇਖਿਆ ਕਰ ਦਿੱਤਾ ਜਾਂਦਾ ਹੈ।

ਪ੍ਰਸ਼ਾਸ਼ਨ ਵਲੋਂ ਜਨਤਕ ਥਾਵਾਂ ਤੇ ਹੁੰਦੀ ਤੰਬਾਕੂਨੋਸ਼ੀ ਦੇ ਸਾਮਾਨ ਦੀ ਵਿਕਰੀ ਤੇ ਕਾਬੂ ਕਰਨ ਲਈ ਕੀਤੀ ਜਾਣ ਵਾਲੀ ਸਮਰਥ ਕਾਰਵਾਈ ਦੀ ਅਣਹੋਂਦ ਕਾਰਨ ਸਾਡੇ ਸ਼ਹਿਰ ਅਤੇ ਇਸਦੇ ਆਸ ਪਾਸ ਦੇ ਖੇਤਰ ਵਿੱਚ ਇਹ ਸਮੱਸਿਆ ਲਗਾਤਾਰ ਵੱਧ ਰਹੀ ਹੈ। ਇਸ ਸੰਬੰਧੀ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਟੀਮ ਕਦੇ ਕਦਾਰ ਬੀੜੀ ਸਿਗਰਟ ਅਤੇ ਤੰਬਾਕੂ ਦਾ ਹੋਰ ਸਾਮਾਨ ਵੇਚਣ ਵਾਲੀਆਂ ਦੁਕਾਨ ਤੇ ਛਾਪੇ ਮਾਰਦੀ ਵੀ ਦਿਖਦੀ ਹੈ ਪਰੰਤੂ ਇਹ ਕਾਰਵਾਈ ਸ਼ਹਿਰ ਵਿੱਚ ਵੱਡੇ ਪੱਧਰ ਤੇ ਕੀਤੀ ਜਾਂਦੀ ਤੰਬਾਕੂਨੋਸ਼ੀ ਦੇ ਸਾਮਾਨ ਦੀ ਅਣਅਧਿਕਾਰਤ ਵਿਕਰੀ ਦੀ ਕਾਰਵਾਈ ਨੂੰ ਕਾਬੂ ਕਰਨ ਦੀ ਸਮਰਥ ਨਹੀਂ ਹੈ ਅਤੇ ਇਸਦਾ ਕੋਈ ਖਾਸ ਅਸਰ ਵੀ ਨਹੀਂ ਦਿਖਦਾ ਅਤੇ ਇਹਨਾਂ ਫੜੀ ਵਾਲਿਆਂ ਦੀ ਇਹ ਕਾਰਵਾਈ ਇਸੇ ਤਰ੍ਹਾਂ ਜਾਰੀ ਰਹਿੰਦੀ ਹੈ।

ਸਾਡੇ ਸ਼ਹਿਰ ਅਤੇ ਇਸਦੇ ਆਸਪਾਸ ਦੇ ਖੇਤਰ ਵਿੱਚ ਜਨਤਕ ਥਾਵਾਂ ਤੇ ਕੀਤੀ ਜਾਂਦੀ ਸਿਗਰਟਨੋਸ਼ੀ ਤੇ ਮੁਕੰਮਲ ਤੌਰ ਤੇ ਕਾਬੂੁ ਕਰਨ ਅਤੇ ਜਿਲ੍ਹੇ ਨੂੰ ਮੁਕੰਮਲ ਤੌਰ ਤੇ ਤੰਬਾਕੂ ਦੇ ਧੂਏਂ ਤੋਂ ਮੁਕਤ ਬਣਾਉਣ ਲਈ ਜਰੂਰੀ ਹੈ ਕਿ ਪ੍ਰਸ਼ਾਸ਼ਨ ਵਲੋਂ ਸ਼ਹਿਰ ਅਤੇ ਇਸਦੇ ਆਸ ਪਾਸ ਦੇ ਖੇਤਰ ਵਿੱਚ ਜਨਤਕ ਥਾਵਾਂ ਤੇ ਨਾਜ਼ਾਇਜ ਕਬਜੇ ਕਰਕੇ ਤੰਬਾਕੂਨੋਸ਼ੀ ਦਾ ਸਾਮਾਨ ਵੇਚਣ ਵਾਲੇ ਅਜਿਹੇ ਵਿਅਕਤੀਆਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਅਤੇ ਸ਼ਹਿਰ ਵਿੱਚ ਕਾਨੂੰਨ ਦੀ ਉਲੰਘਣਾ ਕਰਕੇ ਕੀਤੀ ਜਾ ਰਹੀ ਇਸ ਕਾਰਵਾਈ ਤੇ ਸਖਤੀ ਨਾਲ ਰੋਕ ਲਗਾਈ ਜਾਵੇ। ਜਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਚਾਹੀਦਾ ਹੈ ਕਿ ਉਹ ਖੁਦ ਇਸ ਪਾਸੇ ਧਿਆਨ ਦੇਣ ਅਤੇ ਇਸ ਸੰਬੰਧੀ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਉਣ। ਇਸ ਸੰਬੰਧੀ ਸ਼ਹਿਰ ਵਿੱਚ ਵੱਡੇ ਪੱਧਰ ਤੇ ਹੁੰਦੀ ਤੰਬਾਕੂਨੋਸ਼ੀ ਦੇ ਸਾਮਾਨ ਦੀ ਅਣਅਧਿਕਾਰਤ ਵਿਕਰੀ ਅਤੇ ਰੋਕ ਲਗਾਉਣ ਲਈ ਸਮਰਥ ਅਧਿਕਾਰੀਆਂ ਦੀ ਜਿੰਮੇਵਾਰੀ ਤੈਅ ਕੀਤੀ ਜਾਣੀ ਚਾਹੀਦੀ ਹੈ ਅਤੇ ਇਸ ਤਰੀਕੇ ਨਾਲ ਹੁੰਦੀ ਤੰਬਾਕੂਨੋਸ਼ੀ ਦੇ ਸਾਮਾਨ ਦੀ ਵਿਕਰੀ ਤੇ ਸਖਤੀ ਨਾਲ ਰੋਕ ਲੱਗਣੀ ਚਾਹੀਦੀ ਹੈ ਤਾਂ ਜੋ ਇਸ ਸਮੱਸਿਆ ਨੂੰ ਹਲ ਕੀਤਾ ਜਾ ਸਕੇ।

Continue Reading

Editorial

ਜਦੋਂ ਨਸ਼ੇ ਵਿਰੁੱਧ ਉਠਦੀਆਂ ਆਵਾਜ਼ਾਂ ਨੂੰ ਸਦਾ ਲਈ ਖ਼ਾਮੋਸ਼ ਕਰ ਦਿੱਤਾ ਜਾਵੇ…….

Published

on

By

ਤਿੰਨ ਮਹੀਨਿਆਂ ਵਿੱਚ ਨਸ਼ਾ ਖ਼ਤਮ ਕਰਨ ਦੀ ਗਾਰੰਟੀ ਦੇ ਕੇ ਸੱਤਾ ਵਿੱਚ ਆਈ ‘ਆਪ’ ਸਰਕਾਰ ਦਾ ਕਾਰਜਕਾਲ ਖਤਮ ਹੋਣ ਵਿੱਚ ਕੁਝ ਕੁ ਮਹੀਨਿਆਂ ਦਾ ਸਮਾਂ ਹੀ ਰਹਿ ਗਿਆ ਹੈ, ਪਰ ਇਹ ਸਰਕਾਰ ਆਪਣੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਵਿਚੋਂ ਨਸ਼ੇ ਨੂੰ ਖਤਮ ਨਹੀਂ ਕਰ ਸਕੀ। ਕਾਂਗਰਸ, ਅਕਾਲੀ ਦਲ ਅਤੇ ਹੋਰ ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂ ਅਕਸਰ ਦੋਸ਼ ਲਗਾਉਂਦੇ ਹਨ ਕਿ ਨਸ਼ਾ ਤਸਕਰਾਂ ਨੂੰ ਫੜਨ ਦੇ ਨਾਂ ਤੇ ਅਕਸਰ ਛੋਟੀਆਂ ਮੱਛੀਆਂ ਅਤੇ ਨਸ਼ਾ ਪੀੜਤਾਂ ਨੂੰ ਫੜ ਕੇ ਜੇਲ੍ਹਾਂ ਵਿੱਚ ਭੇਜ ਦਿੱਤਾ ਜਾਂਦਾ ਹੈ ਪਰ ਨਸ਼ੇ ਦੇ ਮਗਰਮੱਛ ਕਾਨੂੰਨੀ ਕਾਰਵਾਈ ਤੋਂ ਬਹੁਤ ਦੂਰ ਰਹਿ ਕੇ ਆਪਣਾ ਨਸ਼ੇ ਦਾ ਕਾਰੋਬਾਰ ਚਲਾ ਰਹੇ ਹਨ।

ਪਿਛਲੇ ਦਿਨੀਂ ਪੰਜਾਬ ਦੇ ਮਾਨਸਾ ਇਲਾਕੇ ਵਿੱਚ ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ। ਜਿਸ ਤੋਂ ਪਤਾ ਚਲਦਾ ਹੈ ਕਿ ਪੰਜਾਬ ਵਿੱਚ ਨਸ਼ੇ ਦੇ ਵਪਾਰੀ ਅਤੇ ਤਸਕਰ ਕਿੰਨੇ ਸ਼ਕਤੀਸ਼ਾਲੀ ਹੋ ਚੁੱਕੇ ਹਨ। ਇਸ ਤੋਂ ਪਹਿਲਾਂ ਵੀ ਵੱਖ ਵੱਖ ਇਲਾਕਿਆਂ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੀਆਂ ਆਵਾਜ਼ਾਂ ਨੂੰ ਖ਼ਾਮੋਸ਼ ਕੀਤਾ ਜਾ ਚੁੱਕਿਆ ਹੈ।

ਪੰਜਾਬ ਦੀ ‘ਆਪ’ ਸਰਕਾਰ ਵਲੋਂ ਭਾਵੇਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਨਾਂ ਹੇਠ ਨਸ਼ਿਆਂ ਵਿਰੁੱਧ ਕਾਰਵਾਈ ਕਰਨ ਦੀ ਗੱਲ ਕੀਤੀ ਜਾਂਦੀ ਹੈ ਅਤੇ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਆਗੂ ਅਕਸਰ ਦਾਅਵਾ ਕਰਦੇ ਹਨ ਕਿ ਪੁਲੀਸ ਵੱਲੋਂ ਇਸ ਮੁਹਿੰਮ ਦੈ ਤਹਿਤ ਹੁਣ ਤੱਕ ਹਜ਼ਾਰਾਂ ਨਸ਼ਾ ਤਸਕਰ ਕਾਬੂ ਕਰਕੇ ਜੇਲ੍ਹਾਂ ਵਿੱਚ ਬੰਦ ਕੀਤੇ ਜਾ ਚੁੱਕੇ ਹਨ ਪਰ ਸਵਾਲ ਇੱਕ ਵਾਰ ਫੇਰ ਉਹੀ ਉਠਦਾ ਹੈ ਕਿ ਜੇ ਨਸ਼ੇ ਦੇ ਸਾਰੇ ਤਸਕਰ ਜੇਲ੍ਹਾਂ ਵਿੱਚ ਬੰਦ ਹਨ ਤਾਂ ਫੇਰ ਨਸ਼ੇ ਦੀ ਸਪਲਾਈ ਕੌਣ ਕਰ ਰਿਹਾ ਹੈ? ਵਿਰੋਧੀ ਪਾਰਟੀਆਂ ਦੇ ਆਗੂ ਦੋਸ਼ ਲਗਾ ਰਹੇ ਹਨ ਕਿ ਪੰਜਾਬ ਦੀ ਮੌਜੁੂਦਾ ਸਰਕਾਰ ਦਾ ਹਾਲ ਇਹ ਹੈ ਕਿ ਅੱਜ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਵੀ ਯਕੀਨੀ ਨਹੀਂ ਬਣਾ ਸਕੀ।

ਸਵਾਲ ਇਹ ਹੈ ਕਿ ਸਰਕਾਰ ਦੇ ਵੱਡੇ-ਵੱਡੇ ਵਾਅਦਿਆਂ ਦਾ ਕੀ ਬਣਿਆ? ਇਹ ਗੱਲ ਆਮ ਆਖ ਜਾਂਣੀ ਹੈ ਕਿ ਜਦੋਂ ਤੱਕ ਤਸਕਰੀ ਦੇ ਨੈਟਵਰਕ ਤੋੜੇ ਨਹੀਂ ਜਾਂਦੇ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਨਹੀਂ ਬਣਾਈ ਜਾਂਦੀ, ਸਿਰਫ਼ ਛਾਪਿਆਂ, ਗ੍ਰਿਫ਼ਤਾਰੀਆਂ ਅਤੇ ਪ੍ਰਚਾਰ ਮੁਹਿੰਮਾਂ ਨਾਲ ਨਸ਼ਿਆਂ ਤੇ ਕਾਬੂ ਨਹੀਂ ਪਾਇਆ ਜਾ ਸਕਦਾ। ਜਦੋਂ ਸੂਬੇ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਹੀ ਅਸੁਰੱਖਿਅਤ ਹੋਣ, ਨਸ਼ਿਆਂ ਤੋਂ ਪੀੜਤ ਪਰਿਵਾਰ ਇਨਸਾਫ਼ ਲਈ ਭਟਕਣ ਅਤੇ ਇੱਕ ਨਸ਼ਾ ਵਿਰੋਧੀ ਕਾਰਕੁਨ ਦੀ ਗੋਲੀ ਮਾਰ ਕੇ ਹੱਤਿਆ ਦੀ ਖ਼ਬਰ ਸਾਹਮਣੇ ਆਵੇ, ਤਾਂ ਸਰਕਾਰ ਸਿਰਫ਼ ਮੀਟਿੰਗਾਂ ਸੱਦ ਕੇ ਅਤੇ ਬਿਆਨ ਜਾਰੀ ਕਰਕੇ ਆਪਣੀ ਜ਼ਿੰਮੇਵਾਰੀ ਤੋਂ ਨਹੀਂ ਬਚ ਸਕਦੀ।

ਪੰਜਾਬ ਨੂੰ ਪ੍ਰਚਾਰ ਨਹੀਂ, ਜਵਾਬਦੇਹੀ ਚਾਹੀਦੀ ਹੈ। ਪੰਜਾਬ ਦੇ ਵੱਡੀ ਗਿਣਤੀ ਲੋਕ ਇਸ ਸਮੇਂ ਨਸ਼ੇ ਤੋਂ ਪੀੜਤ ਹਨ। ਕਿਸੇ ਦਾ ਨੌਜਵਾਨ ਪੁੱਤਰ ਨਸ਼ੇ ਦੀ ਭੇਂਟ ਚੜ ਚੁੱਕਿਆ ਹੈ ਕਿਸੇ ਦੀ ਧੀ ਆਪਣੇ ਨਸ਼ੇੜੀ ਪਤੀ ਦੇ ਮਰ ਜਾਣ ਕਾਰਨ ਵਿਧਵਾ ਦਾ ਜੂਨ ਹੰਡਾ ਰਹੀ ਹੈ। ਕਈ ਪਰਿਵਾਰਾਂ ਦੇ ਤਾਂ ਨਸ਼ੇ ਕਾਰਨ ਘਰ ਹੀ ਉਜੜ ਗਏ ਹਨ। ਵੱਖ- ਵੱਖ ਬੁੱਧੀਜੀਵੀ ਕਹਿ ਰਹੇ ਹਨ ਕਿ ਪੰਜਾਬ ਵਿੱਚ ਕੁਝ ਸਾਲ ਪਹਿਲਾਂ ਅੱਤਵਾਦ ਕਾਰਨ ਹਰ ਪਾਸੇ ਨੌਜਵਾਨਾਂ ਦੇ ਸਿਵੇ ਬਲਦੇ ਸਨ ਅਤੇ ਹੁਣ ਪੰਜਾਬ ਦੇ ਵੱਡੀ ਗਿਣਤੀ ਨੌਜਵਾਨਾਂ ਦੇ ਨਸ਼ੇ ਕਾਰਨ ਸਿਵੇ ਬਲ ਰਹੇ ਹਨ।

ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਨਸ਼ੇ ਵਿਰੁੱਧ ਯੁੱਧ ਮੁਹਿੰਮ ਨੂੰ ਹੋਰ ਤੇਜ਼ ਕਰੇ ਅਤੇ ਨਸ਼ੇ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦਿਤੀਆਂ ਜਾਣ। ਸਰਕਾਰ, ਸਮਾਜ, ਸਾਰੀਆਂ ਸਿਆਸੀ ਪਾਰਟੀਆਂ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੂੰ ਪੰਜਾਬ ਵਿਚੋਂ ਨਸ਼ਾ ਖਤਮ ਕਰਨ ਲਈ ਸਾਂਝੀ ਮੁਹਿੰਮ ਵੱਡੇ ਪੱਧਰ ਤੇ ਚਲਾਉਣੀ ਚਾਹੀਦੀ ਹੈ ਤਾਂ ਕਿ ਪੰਜਾਬ ਵਿਚੋਂ ਨਸ਼ਾ ਬਿਲਕੁਲ ਖਤਮ ਕੀਤਾ ਜਾ ਸਕੇ।

ਬਿਊਰੋ

Continue Reading

Editorial

ਜੇ ਆਮ ਨਾਗਰਿਕ ਨੂੰ ਨਸ਼ਾ ਫੜਨ ਲਈ ਮੈਡੀਕਲ ਸਟੋਰ ਤੱਕ ਜਾਣਾ ਪਵੇ ਤਾ ਪੁਲੀਸ ਅਤੇ ਨਸ਼ਾ ਰੋਕੂ ਤੰਤਰ ਕਿੱਥੇ ਹੈ?

Published

on

By

ਮਾਨਸਾ ਦੀ ਘਟਨਾ ਨੇ ਨਸ਼ਿਆਂ ਵਿਰੁੱਧ ਸਰਕਾਰ ਦੀ ਕਾਰਗੁਜਾਰੀ ਤੇ ਖੜ੍ਹੇ ਕੀਤੇ ਗੰਭੀਰ ਸਵਾਲ

ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਹਰ ਪਰਿਵਾਰ, ਹਰ ਪਿੰਡ, ਹਰ ਸ਼ਹਿਰ ਅਤੇ ਹਰ ਜ਼ਿੰਮੇਵਾਰ ਨਾਗਰਿਕ ਦੀ ਸਾਂਝੀ ਚਿੰਤਾ ਹੈ ਅਤੇ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰ ਦੀ ਮੁਹਿੰਮ ਨਹੀਂ ਹੋਣੀ ਚਾਹੀਦੀ। ਪਰ ਇਸ ਲੜਾਈ ਵਿੱਚ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਜਦੋਂ ਨਸ਼ੀਲੀਆਂ ਦਵਾਈਆਂ ਦੀ ਕਥਿਤ ਗੈਰਕਾਨੂੰਨੀ ਵਿਕਰੀ ਤੇ ਰੋਕ ਦੀ ਮੰਗ ਨੂੰ ਲੈ ਕੇ ਆਮ ਲੋਕਾਂ ਨੂੰ ਖੁਦ ਮੈਦਾਨ ਵਿੱਚ ਉਤਰਨਾ ਪਵੇ, ਤਾਂ ਨਿਗਰਾਨੀ ਕਰਨ ਵਾਲੇ ਤੰਤਰ ਦੀ ਭੂਮਿਕਾ ਕੀ ਰਹਿ ਜਾਂਦੀ ਹੈ?

ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੇ ਇਸ ਸਵਾਲ ਨੂੰ ਹੋਰ ਗੰਭੀਰ ਬਣਾ ਦਿੱਤਾ ਹੈ। ਝੋਟਾ ਦਵਾਈਆਂ ਦੀ ਦੁਕਾਨ ਦੇ ਮਾਲਕ ਕੋਲ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਬਾਰੇ ਸਵਾਲ ਕਰਨ ਗਿਆ ਸੀ ਅਤੇ ਇਸ ਦੌਰਾਨ ਹੋਈ ਤਕਰਾਰ ਤੋਂ ਬਾਅਦ ਦੁਕਾਨ ਮਾਲਕ ਨੇ ਉਸਨੂੰ ਦੌਰਾਨ ਗੋਲੀ ਮਾਰ ਦਿੱਤੀ ਜਿਸ ਕਾਰਨ ਉਸ ਦੀ ਮੌਤ ਹੋ ਗਈ ਅਤੇ ਹੋਰ ਲੋਕ ਵੀ ਜ਼ਖ਼ਮੀ ਹੋਏ। ਘਟਨਾ ਦੀ ਜਾਂਚ ਜਾਰੀ ਹੈ।

ਇਹ ਘਟਨਾ ਦੁੱਖਦਾਈ ਹੈ, ਪਰ ਇਸ ਤੋਂ ਉੱਠਦੇ ਸਵਾਲਾਂ ਨੂੰ ਅਣਸੁਣਿਆ ਨਹੀਂ ਕੀਤਾ ਜਾ ਸਕਦਾ। ਨਸ਼ਾ ਵੇਚਣ ਵਾਲੇ ਤੱਕ ਪਹੁੰਚਣ ਦੀ ਜ਼ਿੰਮੇਵਾਰੀ ਕਿਸ ਦੀ ਹੈ? ਜੇ ਕਿਸੇ ਦਵਾਈਆਂ ਦੀ ਦੁਕਾਨ ਤੋਂ ਬਿਨਾਂ ਕਾਨੂੰਨੀ ਇਜਾਜ਼ਤ ਨਸ਼ੀਲੀਆਂ ਜਾਂ ਪਾਬੰਦੀਸ਼ੁਦਾ ਦਵਾਈਆਂ ਵੇਚੀਆਂ ਜਾਣ ਦਾ ਸ਼ੱਕ ਹੈ, ਤਾਂ ਇਸ ਦੀ ਜਾਂਚ ਕਰਨ ਲਈ ਪੁਲੀਸ, ਦਵਾਈਆਂ ਦੀ ਵਿਕਰੀ ਨੂੰ ਨਿਯਮਤ ਕਰਨ ਵਾਲੇ ਅਧਿਕਾਰੀ ਅਤੇ ਨਸ਼ਾ ਰੋਕੂ ਤੰਤਰ ਮੌਜੂਦ ਹਨ। ਫਿਰ ਇੱਕ ਆਮ ਨਾਗਰਿਕ ਨੂੰ ਖੁਦ ਦੁਕਾਨ ਤੇ ਜਾ ਕੇ ਪੁੱਛਗਿੱਛ ਕਰਨ, ਤਕਰਾਰ ਕਰਨ ਅਤੇ ਆਪਣੀ ਜਾਨ ਜੋਖ਼ਮ ਵਿੱਚ ਪਾਉਣ ਦੀ ਲੋੜ ਕਿਉਂ ਮਹਿਸੂਸ ਹੁੰਦੀ ਹੈ?

ਸਵਾਲ ਉੱਠਦਾ ਹੈ ਕਿ ਕੀ ਸ਼ਿਕਾਇਤ ਕਰਨ ਲਈ ਸੌਖਾ ਅਤੇ ਭਰੋਸੇਯੋਗ ਰਸਤਾ ਮੌਜੂਦ ਹੈ, ਕੀ ਸ਼ੱਕੀ ਦੁਕਾਨਾਂ ਦੀ ਨਿਯਮਤ ਜਾਂਚ ਹੁੰਦੀ ਹੈ, ਕੀ ਦਵਾਈਆਂ ਦੇ ਭੰਡਾਰ, ਵਿਕਰੀ ਦੇ ਰਿਕਾਰਡ ਅਤੇ ਲੋੜੀਂਦੇ ਨੁਸਖ਼ਿਆਂ ਦੀ ਪਾਲਣਾ ਦੀ ਜਾਂਚ ਕੀਤੀ ਜਾਂਦੀ ਹੈ, ਕੀ ਵਾਰ-ਵਾਰ ਮਿਲਣ ਵਾਲੀਆਂ ਸ਼ਿਕਾਇਤਾਂ ਨੂੰ ਜੋੜ ਕੇ ਜਾਂਚ ਕੀਤੀ ਜਾਂਦੀ ਹੈ ਅਤੇ ਸਭ ਤੋਂ ਮਹੱਤਵਪੂਰਨ-ਕੀ ਸ਼ਿਕਾਇਤ ਕਰਨ ਵਾਲੇ ਨੂੰ ਇਹ ਭਰੋਸਾ ਹੈ ਕਿ ਉਸ ਦੀ ਪਛਾਣ ਅਤੇ ਸੁਰੱਖਿਆ ਦਾ ਧਿਆਨ ਰੱਖਿਆ ਜਾਵੇਗਾ?

ਜੇ ਆਮ ਨਾਗਰਿਕ ਨੂੰ ਲੱਗੇ ਕਿ ਉਸ ਦੀ ਆਵਾਜ਼ ਸੁਣਨ ਲਈ ਕੋਈ ਤਿਆਰ ਨਹੀਂ, ਤਾਂ ਉਹ ਕਈ ਵਾਰ ਖੁਦ ਕਾਰਵਾਈ ਕਰਨ ਵੱਲ ਵਧ ਸਕਦਾ ਹੈ। ਪਰ ਅਜਿਹਾ ਕਰਨਾ ਉਸ ਦੀ ਜਾਨ ਲਈ ਖ਼ਤਰਾ ਬਣ ਸਕਦਾ ਹੈ।

ਨਸ਼ਿਆਂ ਵਿਰੁੱਧ ਲੜਨ ਵਾਲੇ ਨਾਗਰਿਕ ਦੀ ਭੂਮਿਕਾ ਅਹਿਮ ਹੈ, ਪਰ ਜਾਂਚ ਕਰਨਾ, ਸਬੂਤ ਇਕੱਠੇ ਕਰਨਾ ਅਤੇ ਕਾਨੂੰਨ ਲਾਗੂ ਕਰਨਾ ਸਿਖਲਾਈ ਪ੍ਰਾਪਤ ਤੰਤਰ ਦੀ ਜ਼ਿੰਮੇਵਾਰੀ ਹੈ। ਪੁਲੀਸ ਵਿੱਚ ਸੁਧਾਰ ਦਿਖਣਾ ਚੰਗੀ ਗੱਲ ਹੈ, ਪਰ ਸਿਆਣੀ ਕਾਰਵਾਈ ਵੀ ਲਾਜ਼ਮੀ ਹੈ। ਪੰਜਾਬ ਪੁਲੀਸ ਦੇ ਵਿਹਾਰ ਵਿੱਚ ਕੁਝ ਸਕਾਰਾਤਮਕ ਤਬਦੀਲੀਆਂ ਮਹਿਸੂਸ ਹੋਣਾ ਉਤਸ਼ਾਹਜਨਕ ਹੈ। ਪਰ ਕਿਸੇ ਵੀ ਪੁਲੀਸ ਤੰਤਰ ਦੀ ਸਫ਼ਲਤਾ ਸਿਰਫ਼ ਵਰਦੀ, ਸਖ਼ਤੀ ਜਾਂ ਗ੍ਰਿਫ਼ਤਾਰੀਆਂ ਦੀ ਗਿਣਤੀ ਨਾਲ ਨਹੀਂ ਮਾਪੀ ਜਾ ਸਕਦੀ।

ਅਸਲ ਸਵਾਲ ਇਹ ਹੈ ਕਿ ਪੁਲੀਸ ਤਣਾਅਪੂਰਨ ਸਥਿਤੀ ਵਿੱਚ ਕਿੰਨੀ ਸਮਝਦਾਰੀ ਨਾਲ ਕੰਮ ਕਰਦੀ ਹੈ, ਖ਼ਤਰੇ ਨੂੰ ਕਿੰਨੀ ਜਲਦੀ ਪਛਾਣਦੀ ਹੈ ਅਤੇ ਹਿੰਸਾ ਹੋਣ ਤੋਂ ਪਹਿਲਾਂ ਉਸ ਨੂੰ ਰੋਕਣ ਲਈ ਕਿਹੜੇ ਕਦਮ ਚੁੱਕਦੀ ਹੈ।

ਹਰ ਤਕਰਾਰ ਦਾ ਜਵਾਬ ਸਖ਼ਤੀ ਨਹੀਂ ਹੁੰਦਾ। ਕਈ ਵਾਰ ਸਹੀ ਸਮੇਂ ਤੇ ਗੱਲਬਾਤ, ਸਹੀ ਜਾਣਕਾਰੀ, ਮੌਕੇ ਦੀ ਸਮਝ ਅਤੇ ਤਣਾਅ ਘਟਾਉਣ ਦੀ ਸਿਖਲਾਈ ਕਿਸੇ ਵੱਡੀ ਘਟਨਾ ਨੂੰ ਰੋਕ ਸਕਦੀ ਹੈ। ਪੁਲੀਸ ਮੁਲਾਜ਼ਮਾਂ ਨੂੰ ਅਜਿਹੀ ਸਿਖਲਾਈ ਦੀ ਲੋੜ ਹੈ ਜਿਸ ਵਿੱਚ ਉਹ ਸਿਰਫ਼ ਅਪਰਾਧ ਹੋਣ ਤੋਂ ਬਾਅਦ ਕਾਰਵਾਈ ਕਰਨਾ ਹੀ ਨਹੀਂ, ਬਲਕਿ ਅਪਰਾਧ ਦੇ ਖ਼ਤਰੇ ਨੂੰ ਪਹਿਲਾਂ ਪਛਾਣਨ, ਵਿਵਾਦ ਨੂੰ ਸ਼ਾਂਤ ਕਰਨ ਅਤੇ ਸੰਭਾਵਿਤ ਹਿੰਸਾ ਵਾਲੀਆਂ ਸਥਿਤੀਆਂ ਵਿੱਚ ਸੁਰੱਖਿਅਤ ਢੰਗ ਨਾਲ ਦਖ਼ਲ ਦੇਣਾ ਵੀ ਸਿੱਖਣ। ਸਵਾਲ ਸਿਰਫ਼ ਇਹ ਨਹੀਂ ਕਿ ਪੁਲੀਸ ਕਿੰਨੀ ਤੇਜ਼ੀ ਨਾਲ ਮੌਕੇ ਤੇ ਪਹੁੰਚਦੀ ਹੈ। ਸਵਾਲ ਇਹ ਵੀ ਹੈ ਕਿ ਉਹ ਮੌਕੇ ਤੱਕ ਗੱਲ ਪਹੁੰਚਣ ਤੋਂ ਪਹਿਲਾਂ ਕਿੰਨੇ ਖ਼ਤਰੇ ਪਛਾਣ ਸਕਦੀ ਹੈ।

ਕਾਨੂੰਨ ਦੀ ਭਰੋਸੇਯੋਗਤਾ ਉਸ ਵੇਲੇ ਬਣਦੀ ਹੈ ਜਦੋਂ ਨਿਯਮਾਂ ਦੀ ਪਾਲਣਾ ਹਰ ਵਿਅਕਤੀ ਤੋਂ ਬਿਨਾਂ ਪੱਖਪਾਤ ਦੇ ਕਰਵਾਈ ਜਾਂਦੀ ਹੈ। ਕਿਸੇ ਆਮ ਨਾਗਰਿਕ ਵੱਲੋਂ ਕੀਤੀ ਗਈ ਗਲਤੀ ਅਤੇ ਕਿਸੇ ਪ੍ਰਭਾਵਸ਼ਾਲੀ ਵਿਅਕਤੀ ਵੱਲੋਂ ਕੀਤੀ ਗਈ ਉਲੰਘਣਾ ਲਈ ਵੱਖਰੇ ਮਾਪਦੰਡ ਨਹੀਂ ਹੋ ਸਕਦੇ। ਇਸੇ ਤਰ੍ਹਾਂ, ਦਵਾਈਆਂ ਦੀ ਦੁਕਾਨ ਚਲਾਉਣ ਵਾਲੇ ਵਿਅਕਤੀ ਦੀ ਸਮਾਜਿਕ ਪਛਾਣ ਜਾਂ ਪਹੁੰਚ ਉਸ ਨੂੰ ਕਾਨੂੰਨ ਤੋਂ ਉੱਪਰ ਨਹੀਂ ਕਰ ਸਕਦੀ।

ਜੇ ਕੋਈ ਦਵਾਈ ਵਿਕਰੇਤਾ ਕਾਨੂੰਨ ਦੀ ਉਲੰਘਣਾ ਕਰਦਾ ਹੈ, ਤਾਂ ਜਾਂਚ ਸਬੂਤਾਂ ਦੇ ਆਧਾਰ ਤੇ ਹੋਣੀ ਚਾਹੀਦੀ ਹੈ। ਜੇ ਕੋਈ ਨਾਗਰਿਕ ਕਾਨੂੰਨ ਆਪਣੇ ਹੱਥ ਵਿੱਚ ਲੈਂਦਾ ਹੈ, ਤਾਂ ਉਸ ਦੀ ਕਾਰਵਾਈ ਵੀ ਕਾਨੂੰਨ ਅਨੁਸਾਰ ਹੀ ਪਰਖੀ ਜਾਣੀ ਚਾਹੀਦੀ ਹੈ। ਦੋਵਾਂ ਪਾਸਿਆਂ ਲਈ ਇੱਕੋ ਨਿਆਂਪੂਰਨ ਮਾਪਦੰਡ ਲਾਗੂ ਹੋਣਾ ਚਾਹੀਦਾ ਹੈ। ਨਾ ਕਿਸੇ ਨੂੰ ਪ੍ਰਭਾਵ ਕਾਰਨ ਛੋਟ ਮਿਲੇ ਅਤੇ ਨਾ ਕਿਸੇ ਨੂੰ ਸਿਰਫ਼ ਆਮ ਨਾਗਰਿਕ ਹੋਣ ਕਰਕੇ ਘੱਟ ਸੁਰੱਖਿਆ ਮਿਲੇ।

ਨਸ਼ਿਆਂ ਵਿਰੁੱਧ ਮੁਹਿੰਮ ਦੀ ਸਫ਼ਲਤਾ ਸਿਰਫ਼ ਛਾਪਿਆਂ, ਗ੍ਰਿਫ਼ਤਾਰੀਆਂ ਅਤੇ ਦਰਜ ਕੀਤੇ ਮਾਮਲਿਆਂ ਦੀ ਗਿਣਤੀ ਨਾਲ ਨਹੀਂ ਮਾਪੀ ਜਾਣੀ ਚਾਹੀਦੀ। ਇਹ ਵੀ ਦੇਖਿਆ ਜਾਣਾ ਚਾਹੀਦਾ ਹੈ ਕਿ ਗੈਰਕਾਨੂੰਨੀ ਦਵਾਈਆਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਿੰਨੀ ਘਟੀ ਹੈ, ਸ਼ੱਕੀ ਵਿਕਰੀ ਬਾਰੇ ਮਿਲੀਆਂ ਸ਼ਿਕਾਇਤਾਂ ਦਾ ਕਿੰਨਾ ਨਿਪਟਾਰਾ ਹੋਇਆ ਹੈ, ਨਸ਼ੇ ਦੀ ਲਤ ਨਾਲ ਜੂਝ ਰਹੇ ਲੋਕਾਂ ਨੂੰ ਕਿੰਨਾ ਇਲਾਜ ਮਿਲਿਆ ਹੈ ਅਤੇ ਨਸ਼ਾ ਛੱਡਣ ਤੋਂ ਬਾਅਦ ਉਨ੍ਹਾਂ ਨੂੰ ਸਮਾਜ ਵਿੱਚ ਮੁੜ ਵਸਣ ਲਈ ਕਿਹੋ ਜਿਹੀ ਸਹਾਇਤਾ ਮਿਲੀ ਹੈ।

ਇਸ ਲਈ ਪੁਲੀਸ, ਦਵਾਈਆਂ ਦੀ ਵਿਕਰੀ ਨੂੰ ਨਿਯਮਤ ਕਰਨ ਵਾਲੇ ਵਿਭਾਗ, ਸਿਹਤ ਸੇਵਾਵਾਂ ਅਤੇ ਪੁਨਰਵਾਸ ਕੇਂਦਰਾਂ ਵਿਚਕਾਰ ਸਾਂਝਾ ਕਾਰਜ-ਢਾਂਚਾ ਹੋਣਾ ਚਾਹੀਦਾ ਹੈ। ਜਿੱਥੇ ਸ਼ੱਕੀ ਵਿਕਰੀ ਦੀ ਸੂਚਨਾ ਮਿਲੇ, ਉੱਥੇ ਸਮੇਂ ਸਿਰ ਜਾਂਚ ਹੋਵੇ। ਜਿੱਥੇ ਨਿਯਮਾਂ ਦੀ ਉਲੰਘਣਾ ਸਾਬਤ ਹੋਵੇ, ਉੱਥੇ ਕਾਨੂੰਨੀ ਕਾਰਵਾਈ ਹੋਵੇ। ਜਿੱਥੇ ਨਸ਼ੇ ਦੀ ਲਤ ਹੋਵੇ, ਉੱਥੇ ਇਲਾਜ ਅਤੇ ਪੁਨਰਵਾਸ ਨੂੰ ਵੀ ਬਰਾਬਰ ਮਹੱਤਵ ਮਿਲੇ।

ਨਸ਼ਾ ਸਿਰਫ਼ ਇੱਕ ਅਪਰਾਧਕ ਮਸਲਾ ਨਹੀਂ; ਇਹ ਸਿਹਤ, ਪਰਿਵਾਰ ਅਤੇ ਸਮਾਜ ਨਾਲ ਜੁੜਿਆ ਸੰਕਟ ਵੀ ਹੈ। ਨਸ਼ਿਆਂ ਵਿਰੁੱਧ ਆਵਾਜ਼ ਉਠਾਉਣਾ ਹਿੰਮਤ ਵਾਲੀ ਗੱਲ ਹੈ। ਪਰ ਕਿਸੇ ਸ਼ੱਕੀ ਵਿਅਕਤੀ ਜਾਂ ਦੁਕਾਨਦਾਰ ਨਾਲ ਸਿੱਧੀ ਤਕਰਾਰ ਕਰਨਾ, ਭੀੜ ਇਕੱਠੀ ਕਰਨਾ ਜਾਂ ਆਪਣੇ ਆਪ ਜਾਂਚ ਕਰਨ ਦੀ ਕੋਸ਼ਿਸ਼ ਕਰਨਾ ਖ਼ਤਰਨਾਕ ਹੋ ਸਕਦਾ ਹੈ। ਇਸ ਲਈ ਨਾਗਰਿਕਾਂ ਨੂੰ ਵੀ ਆਪਣੀ ਸੁਰੱਖਿਆ ਦਾ ਧਿਆਨ ਰੱਖਣਾ ਪਵੇਗਾ।

ਨਾਗਰਿਕਾਂ ਨੂੰ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਸਬੰਧਤ ਅਧਿਕਾਰੀਆਂ ਤੱਕ ਪਹੁੰਚਾਉਣੀ ਚਾਹੀਦੀ ਹੈ ਅਤੇ ਆਪਣੀ ਸੁਰੱਖਿਆ ਨੂੰ ਪਹਿਲ ਦੇਣੀ ਚਾਹੀਦੀ ਹੈ। ਦੂਜੇ ਪਾਸੇ, ਪ੍ਰਸ਼ਾਸਨ ਨੂੰ ਵੀ ਅਜਿਹੀ ਸ਼ਿਕਾਇਤ ਪ੍ਰਣਾਲੀ ਬਣਾਉਣੀ ਚਾਹੀਦੀ ਹੈ ਜਿਸ ਵਿੱਚ ਲੋਕਾਂ ਨੂੰ ਇਹ ਮਹਿਸੂਸ ਨਾ ਹੋਵੇ ਕਿ ਉਨ੍ਹਾਂ ਦੀ ਗੱਲ ਸੁਣਨ ਵਾਲਾ ਕੋਈ ਨਹੀਂ। ਜੇ ਲੋਕਾਂ ਨੂੰ ਸੁਰੱਖਿਅਤ ਢੰਗ ਨਾਲ ਜਾਣਕਾਰੀ ਦੇਣ ਦਾ ਭਰੋਸਾ ਹੋਵੇ ਅਤੇ ਉਸ ਜਾਣਕਾਰੀ ਉੱਤੇ ਕਾਰਵਾਈ ਵੀ ਦਿਖਾਈ ਦੇਵੇ, ਤਾਂ ਨਸ਼ਾ ਰੋਕੂ ਯਤਨ ਹੋਰ ਪ੍ਰਭਾਵਸ਼ਾਲੀ ਬਣ ਸਕਦੇ ਹਨ।

ਮਾਨਸਾ ਦੀ ਇਹ ਘਟਨਾ ਸਾਨੂੰ ਇੱਕ ਅਸੁਖਾਵਾਂ ਸਵਾਲ ਪੁੱਛਣ ਲਈ ਮਜਬੂਰ ਕਰਦੀ ਹੈ ਕਿ, ਕੀ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਆਮ ਨਾਗਰਿਕ ਨੂੰ ਆਪਣੀ ਜਾਨ ਦੀ ਚਿੰਤਾ ਕਰਨੀ ਪਵੇ, ਜਾਂ ਉਸ ਨੂੰ ਇਹ ਭਰੋਸਾ ਹੋਣਾ ਚਾਹੀਦਾ ਹੈ ਕਿ ਕਾਨੂੰਨ ਉਸ ਦੀ ਸੁਰੱਖਿਆ ਲਈ ਮੌਜੂਦ ਹੈ? ਕਿਸੇ ਵੀ ਨਾਗਰਿਕ ਨੂੰ ਨਸ਼ਾ ਵੇਚਣ ਵਾਲੇ ਨਾਲ ਟਕਰਾਅ ਕਰਕੇ ਆਪਣੀ ਜਾਨ ਜੋਖ਼ਮ ਵਿੱਚ ਪਾਉਣ ਦੀ ਲੋੜ ਨਹੀਂ ਹੋਣੀ ਚਾਹੀਦੀ। ਉਸ ਨੂੰ ਸ਼ਿਕਾਇਤ ਕਰਨ ਦਾ ਸੁਰੱਖਿਅਤ ਰਸਤਾ, ਸਮੇਂ ਸਿਰ ਜਾਂਚ ਅਤੇ ਨਿਆਂਪੂਰਨ ਕਾਰਵਾਈ ਦਾ ਭਰੋਸਾ ਮਿਲਣਾ ਚਾਹੀਦਾ ਹੈ।

ਪੰਜਾਬ ਨੂੰ ਅਜਿਹੀ ਪੁਲੀਸ ਦੀ ਲੋੜ ਹੈ ਜੋ ਸਿਰਫ਼ ਅਪਰਾਧ ਤੋਂ ਬਾਅਦ ਕਾਨੂੰਨ ਲਾਗੂ ਨਾ ਕਰੇ, ਬਲਕਿ ਖ਼ਤਰੇ ਨੂੰ ਪਹਿਲਾਂ ਪਛਾਣੇ। ਅਜਿਹੇ ਨਿਯਮਾਂ ਦੀ ਲੋੜ ਹੈ ਜੋ ਹਰ ਵਿਅਕਤੀ ਉੱਤੇ ਇੱਕੋ ਜਿਹੇ ਲਾਗੂ ਹੋਣ ਅਤੇ ਅਜਿਹੇ ਪ੍ਰਬੰਧ ਦੀ ਲੋੜ ਹੈ ਜਿਸ ਵਿੱਚ ਨਸ਼ਿਆਂ ਵਿਰੁੱਧ ਲੜਨ ਲਈ ਕਿਸੇ ਪਰਿਵਾਰ ਨੂੰ ਆਪਣੇ ਪੁੱਤਰ ਦੀ ਜਾਨ ਗੁਆਉਣ ਤੋਂ ਬਾਅਦ ਹੀ ਸੁਣਵਾਈ ਦੀ ਉਮੀਦ ਨਾ ਕਰਨੀ ਪਵੇ।

ਜਦੋਂ ਨਸ਼ਾ ਵੇਚਣ ਵਾਲੇ ਤੱਕ ਪਹੁੰਚਣ ਲਈ ਨਾਗਰਿਕ ਨੂੰ ਖੁਦ ਮੈਦਾਨ ਵਿੱਚ ਉਤਰਨਾ ਪਵੇ, ਤਾਂ ਇਹ ਸਿਰਫ਼ ਉਸ ਦੀ ਹਿੰਮਤ ਦਾ ਸਵਾਲ ਨਹੀਂ ਰਹਿੰਦਾ, ਇਹ ਸਾਡੇ ਨਸ਼ਾ ਰੋਕੂ ਤੰਤਰ ਦੀ ਕਾਰਗੁਜ਼ਾਰੀ ਦਾ ਸਵਾਲ ਵੀ ਬਣ ਜਾਂਦਾ ਹੈ ਜਿਸਦਾ ਜਵਾਬ ਨਾਅਰਿਆਂ ਨਾਲ ਨਹੀਂ, ਪਾਰਦਰਸ਼ੀ ਜਾਂਚ, ਪੁਲੀਸ ਕਾਰਵਾਈ ਅਤੇ ਜ਼ਮੀਨੀ ਨਤੀਜਿਆਂ ਨਾਲ ਮਿਲਣਾ ਚਾਹੀਦਾ ਹੈ।

ਡਾ.ਹਰਜਿੰਦਰ ਸਿੰਘ ਹੈਰੀ

ਸੀਨੀਅਰ ਮਨੋਵਿਗਿਆਨਕ ਅਤੇ ਸਮਾਜ ਵਿਗਿਆਨੀ

Continue Reading

Latest News

Trending