National
ਧਰਮ ਬਦਲ ਕੇ ਮੁਸਲਮਾਨ ਬਣੇ ਵਿਅਕਤੀ ਕੋਟੇ ਦੇ ਲਾਭਾਂ ਦਾ ਦਾਅਵਾ ਨਹੀਂ ਕਰ ਸਕਦੇ : ਸੁਪਰੀਮ ਕੋਰਟ
ਨਵੀਂ ਦਿੱਲੀ, 15 ਅਕਤੂਬਰ (ਸ.ਬ.) ਸੁਪਰੀਮ ਕੋਰਟ ਨੇ ਅੱਜ ਫੈਸਲਾ ਸੁਣਾਇਆ ਕਿ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਹਿੰਦੂ ਇਸਲਾਮ ਧਰਮ ਅਪਣਾਉਣ ਤੋਂ ਬਾਅਦ ਉਸ ਸ਼੍ਰੇਣੀ ਦੇ ਰਾਖਵੇਂਕਰਨ ਲਾਭਾਂ ਦਾ ਦਾਅਵਾ ਨਹੀਂ ਕਰ ਸਕਦੇ। ਅਦਾਲਤ ਨੇ ਕਿਹਾ ਕਿ ਪੁਰਾਣੀ ਸਮਾਜਿਕ ਵਿਵਸਥਾ ਵਿੱਚ ਹੰਢਾਏ ਪੱਛੜੇਪਣ ਨੂੰ ਅੱਗੇ ਨਹੀਂ ਲਿਜਾਇਆ ਜਾ ਸਕਦਾ।
ਅਦਾਲਤ ਨੇ ਇਹ ਵੀ ਕਿਹਾ ਕਿ ਹਿੰਦੂ, ਸਿੱਖ ਜਾਂ ਬੁੱਧ ਧਰਮ ਤੋਂ ਇਲਾਵਾ ਕਿਸੇ ਹੋਰ ਧਰਮ ਨੂੰ ਮੰਨਣ ਵਾਲੇ ਵਿਅਕਤੀ ਨੂੰ ਅਨੁਸੂਚਿਤ ਜਾਤੀ ਦਾ ਮੈਂਬਰ ਨਹੀਂ ਮੰਨਿਆ ਜਾ ਸਕਦਾ।
ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਜਸਟਿਸ ਸ਼੍ਰੀ ਚੰਦਰਸ਼ੇਖਰ ਦੇ ਬੈਂਚ ਨੇ ਮਦਰਾਸ ਹਾਈ ਕੋਰਟ ਦੇ ਉਸ ਹੁਕਮ ਵਿਰੁੱਧ ਤਾਮਿਲਨਾਡੂ ਸਰਕਾਰ ਦੀ ਪਟੀਸ਼ਨ ਖ਼ਾਰਜ ਕਰ ਦਿੱਤੀ, ਜਿਸ ਵਿੱਚ ਕਿਹਾ ਗਿਆ ਸੀ ਕਿ ਇਸਲਾਮ ਧਰਮ ਅਪਣਾਉਣ ਵਾਲਾ ਵਿਅਕਤੀ ਮਹਿਜ਼ ਧਰਮ ਪਰਿਵਰਤਨ ਦੇ ਆਧਾਰ ਤੇ ਪੱਛੜੀ ਸ਼੍ਰੇਣੀ (ਮੁਸਲਿਮ) ਸ਼੍ਰੇਣੀ ਤਹਿਤ ਰਾਖਵੇਂਕਰਨ ਦਾ ਦਾਅਵਾ ਨਹੀਂ ਕਰ ਸਕਦਾ।
ਧਰਮ ਪਰਿਵਰਤਨ ਕਰਨ ਵਾਲੇ ਮੁਸਲਮਾਨਾਂ ਨੂੰ ਰਾਖਵਾਂਕਰਨ ਦੇਣ ਲਈ ਤਾਮਿਲਨਾਡੂ ਸਰਕਾਰ ਦੇ ਨੋਟੀਫਿਕੇਸ਼ਨ ਨੂੰ ਰੱਦ ਕਰਨ ਵਾਲੇ ਹਾਈ ਕੋਰਟ ਦੇ ਹੁਕਮ ਨੂੰ ਬਰਕਰਾਰ ਰੱਖਦਿਆਂ, ਸਿਖਰਲੀ ਅਦਾਲਤ ਨੇ ਕਿਹਾ ਕਿ ਇਸ ਵਿੱਚ ਕਿਸੇ ਦਖ਼ਲਅੰਦਾਜ਼ੀ ਦੀ ਲੋੜ ਨਹੀਂ ਹੈ।
ਬੈਂਚ ਨੇ ਕਿਹਾ ਕਿ ਸੰਵਿਧਾਨ ਦੀ ਧਾਰਾ 16(4) ਦੇ ਤਹਿਤ ਕੋਈ ਵੀ ਕਾਨੂੰਨੀ ਲਾਭ, ਸੁਰੱਖਿਆ, ਰਾਖਵਾਂਕਰਨ ਜਾਂ ਹੋਰ ਹੱਕ-ਜਿਸ ਦਾ ਲਾਭ ਲੈਣਾ ਕਿਸੇ ਵਿਸ਼ੇਸ਼ ਹਿੰਦੂ ਸਮਾਜਿਕ ਢਾਂਚੇ ਤੇ ਨਿਰਭਰ ਕਰਦਾ ਹੈ-ਉਸ ਵਿਅਕਤੀ ਦੁਆਰਾ ਇਸਲਾਮ, ਈਸਾਈ ਧਰਮ ਜਾਂ ਕਿਸੇ ਹੋਰ ਗੈਰ-ਹਿੰਦੂ ਸਮਾਜਿਕ ਢਾਂਚੇ ਵਿੱਚ ਧਰਮ ਪਰਿਵਰਤਨ ਕਰ ਲੈਣ ਤੋਂ ਬਾਅਦ, ਸਿਰਫ਼ ਪੁਰਾਣੀ ਮੈਂਬਰਸ਼ਿਪ ਦੇ ਆਧਾਰ ਤੇ ਨਹੀਂ ਮੰਗਿਆ ਜਾ ਸਕਦਾ ਅਤੇ ਨਾ ਹੀ ਉਸ ਨੂੰ ਦਿੱਤਾ ਜਾ ਸਕਦਾ ਹੈ।
ਅਦਾਲਤ ਨੇ ਕਿਹਾ ਕਿ ਉਹ ਇਸ ਸਿੱਟੇ ਤੇ ਪਹੁੰਚੀ ਹੈ ਕਿ ਜੋ ਵਿਅਕਤੀ ਹਿੰਦੂ ਸਮਾਜਿਕ ਵਿਵਸਥਾ ਤੋਂ ਗ਼ੈਰ-ਹਿੰਦੂ ਸਮਾਜਿਕ ਵਿਵਸਥਾ ਵਿੱਚ ਧਰਮ ਪਰਿਵਰਤਨ ਕਰਦਾ ਹੈ, ਉਹ ਮਹਿਜ਼ ਆਪਣੇ ਧਰਮ ਪਰਿਵਰਤਨ ਤੋਂ ਪਹਿਲਾਂ ਦੇ ਰੁਤਬੇ ਨਾਲ ਜੁੜੇ ਸਮਾਜਿਕ ਪੱਛੜੇਪਣ ਦੇ ਆਧਾਰ ਤੇ ਸੰਵਿਧਾਨ ਦੀ ਧਾਰਾ 16(4) ਤਹਿਤ ਰਾਖਵੇਂਕਰਨ (ਸਕਾਰਾਤਮਕ ਕਾਰਵਾਈ) ਦਾ ਦਾਅਵਾ ਨਹੀਂ ਕਰ ਸਕਦਾ।
ਇਸ ਨੇ ਕਿਹਾ ਕਿ ਪੁਰਾਣੀ ਸਮਾਜਿਕ ਵਿਵਸਥਾ ਵਿੱਚ ਹੰਢਾਇਆ ਪੱਛੜਾਪਣ ਆਪਣੇ ਆਪ ਵਿੱਚ ਅੱਗੇ ਨਹੀਂ ਲਿਜਾਇਆ ਜਾ ਸਕਦਾ ਤਾਂ ਜੋ ਉਸ ਨੂੰ ਉਸ ਖੇਤਰ ਵਿੱਚ ਪੱਛੜੀ ਸ਼੍ਰੇਣੀ ਦਾ ਦਰਜਾ ਦਿੱਤਾ ਜਾ ਸਕੇ, ਜਿਸ ਵਿੱਚ ਉਸ ਨੇ ਧਰਮ ਪਰਿਵਰਤਨ ਕੀਤਾ ਹੈ।
ਸਿਖਰਲੀ ਅਦਾਲਤ ਨੇ ਅੱਗੇ ਕਿਹਾ ਕਿ ਹਿੰਦੂ, ਸਿੱਖ ਜਾਂ ਬੁੱਧ ਧਰਮ ਤੋਂ ਇਲਾਵਾ ਕਿਸੇ ਹੋਰ ਧਰਮ ਨੂੰ ਮੰਨਣ ਵਾਲੇ ਵਿਅਕਤੀ ਨੂੰ ਅਨੁਸੂਚਿਤ ਜਾਤੀ ਦਾ ਮੈਂਬਰ ਨਹੀਂ ਮੰਨਿਆ ਜਾ ਸਕਦਾ।
ਇਸ ਨੇ ਕਿਹਾ ਕਿ ਨਤੀਜੇ ਵਜੋਂ, ਉਸ ਵਿੱਚ ਨਿਰਧਾਰਿਤ ਨਾ ਕੀਤੇ ਗਏ ਧਰਮ ਵਿੱਚ ਧਰਮ ਪਰਿਵਰਤਨ ਕਰਨ ਤੇ, ਅਜਿਹਾ ਵਿਅਕਤੀ ਆਪਣੀ ਪੁਰਾਣੀ ਜਾਤ ਨਾਲ ਜੁੜੇ ਅਨੁਸੂਚਿਤ ਜਾਤੀ ਦੇ ਰੁਤਬੇ ਨੂੰ ਗੁਆ ਦਿੰਦਾ ਹੈ ਅਤੇ ਧਾਰਾ 16(4) ਤਹਿਤ ਪੱਛੜੀ ਸ਼੍ਰੇਣੀ ਦੇ ਕਿਸੇ ਵੀ ਰਾਖਵੇਂਕਰਨ ਦੇ ਲਾਭ ਦਾ ਦਾਅਵਾ ਨਹੀਂ ਕਰ ਸਕਦਾ, ਜੋ ਕਿ ਅਨੁਸੂਚਿਤ ਜਾਤੀ ਦੇ ਰੁਤਬੇ ਦੀ ਮੈਂਬਰਸ਼ਿਪ ਤੇ ਅਧਾਰਿਤ ਹੈ।
ਅਦਾਲਤ ਨੇ ਕਿਹਾ ਕਿ ਗ਼ੈਰ-ਹਿੰਦੂ ਸਮਾਜਿਕ ਵਿਵਸਥਾ ਵਿੱਚ ਧਰਮ ਪਰਿਵਰਤਨ ਆਪਣੇ ਆਪ ਵਿੱਚ ਕਿਸੇ ਵਿਸ਼ੇਸ਼ ਨੋਟੀਫਾਈਡ ਪੱਛੜੀ ਸ਼੍ਰੇਣੀ ਭਾਈਚਾਰੇ ਦੀ ਮੈਂਬਰਸ਼ਿਪ ਪ੍ਰਦਾਨ ਨਹੀਂ ਕਰਦਾ।
ਇਸ ਨੇ ਕਿਹਾ ਕਿ ਕਿਸੇ ਵਿਅਕਤੀ ਦਾ ਧਰਮ ਪਰਿਵਰਤਨ ਤੋਂ ਪਹਿਲਾਂ ਦੀ ਜਾਤ ਜਾਂ ਭਾਈਚਾਰਕ ਰੁਤਬਾ, ਮਹਿਜ਼ ਧਰਮ ਪਰਿਵਰਤਨ ਦੇ ਕਾਰਨ, ਧਰਮ ਪਰਿਵਰਤਨ ਤੋਂ ਬਾਅਦ ਦੀ ਸਮਾਜਿਕ ਵਿਵਸਥਾ ਵਿੱਚ ਕਿਸੇ ਵੱਖਰੇ ਨੋਟੀਫਾਈਡ ਪੱਛੜੀ ਸ਼੍ਰੇਣੀ ਭਾਈਚਾਰੇ ਦੀ ਮੈਂਬਰਸ਼ਿਪ ਵਿੱਚ ਨਹੀਂ ਬਦਲਿਆ ਜਾ ਸਕਦਾ। ਅਦਾਲਤ ਨੇ ਅੱਗੇ ਜੋੜਿਆ ਕਿ ਸਮਾਜਿਕ ਪੱਛੜਾਪਣ, ਜੋ ਵਿਅਕਤੀ ਦੇ ਧਰਮ ਪਰਿਵਰਤਨ ਤੋਂ ਪਹਿਲਾਂ ਦੇ ਰੁਤਬੇ ਦਾ ਆਧਾਰ ਬਣਦਾ ਹੈ, ਆਪਣੇ ਆਪ ਵਿੱਚ ਧਰਮ ਪਰਿਵਰਤਨ ਤੋਂ ਬਾਅਦ ਕਿਸੇ ਵੱਖਰੇ ਨੋਟੀਫਾਈਡ ਪੱਛੜੀ ਸ਼੍ਰੇਣੀ ਭਾਈਚਾਰੇ ਦੀ ਮੈਂਬਰਸ਼ਿਪ ਦੇਣ ਲਈ ਇਕੱਲਾ ਕਾਨੂੰਨੀ ਆਧਾਰ ਨਹੀਂ ਹੋ ਸਕਦਾ।
ਇਸ ਨੇ ਸਿੱਟਾ ਕੱਢਦਿਆਂ ਕਿਹਾ ਕਿ ਇਸ ਲਈ, ਅਸੀਂ ਹਾਈ ਕੋਰਟ ਦੇ ਸਿੱਟੇ ਦੀ ਪੁਸ਼ਟੀ ਕਰਦੇ ਹਾਂ, ਭਾਵੇਂ ਸਾਡਾ ਤਰਕ ਉੱਪਰ ਦੱਸੇ ਗਏ ਸੰਵਿਧਾਨਕ ਆਧਾਰ ਤੇ ਕੇਂਦਰਿਤ ਹੈ। ਜੋ ਵਿਅਕਤੀ ਇਸਲਾਮ ਧਰਮ ਅਪਣਾਉਂਦਾ ਹੈ, ਉਹ ਮਹਿਜ਼ ਇਸ ਕਾਰਜ ਨਾਲ ਸੂਬੇ ਵਿੱਚ ਨੋਟੀਫਾਈਡ ਸੱਤ ਪੱਛੜੀਆਂ ਸ਼੍ਰੇਣੀਆਂ ਦੇ ਭਾਈਚਾਰਿਆਂ ਵਿੱਚੋਂ ਕਿਸੇ ਇੱਕ ਦਾ ਮੈਂਬਰ ਨਹੀਂ ਬਣ ਜਾਂਦਾ। ਇਹ ਪੁਰਾਣੀਆਂ ਜਾਤੀ ਜਾਂ ਭਾਈਚਾਰਕ ਵੰਡਾਂ ਸਵੈ-ਚਾਲਿਤ ਤੌਰ ਤੇ ਮੁਸਲਿਮ ਪੱਛੜੀ ਸ਼੍ਰੇਣੀ ਵਿੱਚ ਨਹੀਂ ਬਦਲੀਆਂ ਜਾ ਸਕਦੀਆਂ ਅਤੇ ਨਾ ਹੀ ਕੋਈ ਨਿੱਜੀ ਧਾਰਮਿਕ ਸੰਸਥਾ ਅਜਿਹੇ ਵਿਧਾਨਿਕ ਅਧਿਕਾਰ ਦਾ ਨਿਰਣਾਇਕ ਤੌਰ ਤੇ ਫ਼ੈਸਲਾ ਕਰ ਸਕਦੀ ਹੈ।
7 ਅਗਸਤ ਨੂੰ, ਸਿਖਰਲੀ ਅਦਾਲਤ ਨੇ ਹਾਈ ਕੋਰਟ ਦੇ ਫ਼ੈਸਲੇ ਵਿਰੁੱਧ ਸੂਬਾ ਸਰਕਾਰ ਵੱਲੋਂ ਦਾਇਰ ਪਟੀਸ਼ਨ ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।
ਸੂਬਾ ਸਰਕਾਰ ਨੇ ਦਲੀਲ ਦਿੱਤੀ ਸੀ ਕਿ 9 ਮਾਰਚ, 2024 ਦੇ ਉਸ ਦੇ ਹੁਕਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਸੀ ਕਿ ਸਮਾਜਿਕ ਅਤੇ ਵਿਦਿਅਕ ਤੌਰ ਤੇ ਪੱਛੜੇ ਭਾਈਚਾਰਿਆਂ ਨਾਲ ਸਬੰਧਤ ਵਿਅਕਤੀ ਮਹਿਜ਼ ਇਸਲਾਮ ਧਰਮ ਅਪਣਾਉਣ ਕਾਰਨ ਰਾਖਵੇਂਕਰਨ ਦੇ ਲਾਭਾਂ ਤੋਂ ਵਾਂਝੇ ਨਾ ਰਹਿ ਜਾਣ।
ਹਾਈ ਕੋਰਟ ਦਾ ਫ਼ੈਸਲਾ ਸਮੀਰ ਅਹਿਮਦ ਨਾਮਕ ਵਿਅਕਤੀ ਵੱਲੋਂ ਦਾਇਰ ਪਟੀਸ਼ਨ ਤੇ ਆਇਆ ਸੀ, ਜਿਸ ਨੇ 2015 ਵਿੱਚ ਹਿੰਦੂ ਧਰਮ ਤੋਂ ਇਸਲਾਮ ਧਰਮ ਅਪਣਾਇਆ ਸੀ, ਅਤੇ ਇਸ ਧਰਮ ਪਰਿਵਰਤਨ ਨੂੰ 2016 ਵਿੱਚ ਇੱਕ ਗਜ਼ਟ ਨੋਟੀਫਿਕੇਸ਼ਨ ਰਾਹੀਂ ਸੂਚਿਤ ਕੀਤਾ ਗਿਆ ਸੀ।
ਉਸ ਨੇ ਬਾਅਦ ਵਿੱਚ ਇਸਲਾਮੀ ਰੀਤੀ-ਰਿਵਾਜਾਂ ਅਨੁਸਾਰ ਵਿਆਹ ਕਰਵਾ ਲਿਆ ਅਤੇ ਰਾਖਵੇਂਕਰਨ ਦੇ ਲਾਭ ਪ੍ਰਾਪਤ ਕਰਨ ਲਈ ਉਸ ਨੂੰ ਮੁਸਲਿਮ ਲੱਬਈ ਭਾਈਚਾਰੇ ਨਾਲ ਸਬੰਧਤ ਪਛਾਣਨ ਵਾਲੇ ਸਰਟੀਫਿਕੇਟ ਦੀ ਮੰਗ ਕੀਤੀ।
ਸੂਬੇ ਨੇ ਦਲੀਲ ਦਿੱਤੀ ਸੀ ਕਿ ਉਸ ਕੋਲ ਤਾਮਿਲਨਾਡੂ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਰਿਪੋਰਟ ਦੇ ਆਧਾਰ ਤੇ, ਪੱਛੜੀਆਂ ਸ਼੍ਰੇਣੀਆਂ, ਅਤੀ ਪੱਛੜੀਆਂ ਸ਼੍ਰੇਣੀਆਂ, ਡੀ-ਨੋਟੀਫਾਈਡ ਭਾਈਚਾਰਿਆਂ ਅਤੇ ਅਨੁਸੂਚਿਤ ਜਾਤੀਆਂ ਵਿੱਚੋਂ ਇਸਲਾਮ ਧਰਮ ਅਪਣਾਉਣ ਵਾਲੇ ਯੋਗ ਵਿਅਕਤੀਆਂ ਨੂੰ ਪੱਛੜੀਆਂ ਸ਼੍ਰੇਣੀਆਂ (ਮੁਸਲਿਮ) ਭਾਈਚਾਰਕ ਸਰਟੀਫਿਕੇਟ ਜਾਰੀ ਕਰਨ ਦਾ ਅਧਿਕਾਰ ਹੈ।
25 ਜੂਨ ਨੂੰ ਹਾਈ ਕੋਰਟ ਨੇ ਹੋਲਡ ਕੀਤਾ ਸੀ ਕਿ ਇਸਲਾਮ ਧਰਮ ਅਪਣਾਉਣ ਵਾਲਾ ਵਿਅਕਤੀ ਮਹਿਜ਼ ਧਰਮ ਪਰਿਵਰਤਨ ਦੇ ਆਧਾਰ ਤੇ ਪੱਛੜੀ ਸ਼੍ਰੇਣੀ (ਮੁਸਲਿਮ) ਸ਼੍ਰੇਣੀ ਤਹਿਤ ਰਾਖਵੇਂਕਰਨ ਦਾ ਦਾਅਵਾ ਕਰਨ ਦਾ ਹੱਕਦਾਰ ਨਹੀਂ ਸੀ ਅਤੇ 9 ਮਾਰਚ, 2024 ਨੂੰ ਜਾਰੀ ਸਰਕਾਰੀ ਹੁਕਮ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਸੀ।
ਇਸ ਨੇ ਅੱਗੇ ਟਿੱਪਣੀ ਕੀਤੀ ਸੀ ਕਿ ਇਸਲਾਮ ਧਰਮ ਅਪਣਾਉਣ ਵਾਲੇ ਵਿਅਕਤੀ ਨੂੰ ਸਿਰਫ਼ ਮੁਸਲਮਾਨ ਮੰਨਿਆ ਜਾ ਸਕਦਾ ਹੈ ਅਤੇ ਮਹਿਜ਼ ਧਰਮ ਪਰਿਵਰਤਨ ਦੇ ਆਧਾਰ ਤੇ ਰਾਖਵੇਂਕਰਨ ਦੇ ਉਦੇਸ਼ਾਂ ਲਈ ਕਿਸੇ ਵਿਸ਼ੇਸ਼ ਨੋਟੀਫਾਈਡ ਪੱਛੜੀ ਸ਼੍ਰੇਣੀ ਮੁਸਲਿਮ ਭਾਈਚਾਰੇ ਨਾਲ ਸਬੰਧਤ ਵਜੋਂ ਵਰਗੀਕ੍ਰਿਤ ਨਹੀਂ ਕੀਤਾ ਜਾ ਸਕਦਾ।
National
ਬਦਲ ਸਕਦਾ ਮੌਸਮ ਦਾ ਮਿਜ਼ਾਜ, ਦੱਖਣੀ ਰਾਜਾਂ ਵਿੱਚ ਮੀਂਹ ਤੇ ਤੂਫ਼ਾਨ ਦੀ ਸੰਭਾਵਨਾ
ਨਵੀਂ ਦਿੱਲੀ, 26 ਨਵੰਬਰ (ਸ.ਬ.) ਭਾਰਤ ਵਿੱਚ ਸਰਦੀਆਂ ਦਾ ਮੌਸਮ ਸ਼ੁਰੂ ਹੋ ਗਿਆ ਹੈ ਅਤੇ ਅੱਜ ਕਈ ਰਾਜਾਂ ਵਿੱਚ ਧੁੰਦ ਦੇਖੀ ਗਈ। ਸਵੇਰ ਅਤੇ ਰਾਤ ਵੇਲੇ ਤਾਪਮਾਨ ਲਗਾਤਾਰ ਘਟ ਰਿਹਾ ਹੈ। ਮੌਸਮ ਵਿਭਾਗ ਨੇ ਸੰਕੇਤ ਦਿੱਤਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਮੌਸਮ ਬਦਲਣ ਵਾਲਾ ਹੈ।ਭਾਰਤੀ ਮੌਸਮ ਵਿਭਾਗ (ਆਈ ਐਮ ਡੀ) ਮੁਤਾਬਕ ਮੁੰਬਈ ਤੋਂ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ਤੱਕ ਦੇ ਇਲਾਕਿਆਂ ਵਿੱਚ ਧੁੰਦ ਦੀ ਪਰਤ ਦੇਖੀ ਗਈ।
ਵਿਭਾਗ ਨੇ ਦੱਸਿਆ ਕਿ ਦੇਸ਼ ਦੇ ਦੱਖਣੀ ਹਿੱਸਿਆਂ ਵਿੱਚ ਮੀਂਹ ਅਤੇ ਗਰਜ-ਤੂਫ਼ਾਨ ਆਉਣ ਦੀ ਸੰਭਾਵਨਾ ਹੈ। ਜਦਕਿ ਉੱਤਰੀ ਅਤੇ ਉੱਤਰ-ਪੂਰਬੀ ਖੇਤਰਾਂ ਵਿੱਚ ਸੰਘਣੀ ਧੁੰਦ ਕਾਰਨ ਵੇਖਣ ਦੀ ਸਮਰਥਾ (ਵਿਸਿਬਿਲਿਟੇ) ਘੱਟ ਸਕਦੀ ਹੈ। ਇਸ ਦੌਰਾਨ ਕਈ ਇਲਾਕਿਆਂ ਵਿੱਚ ਘੱਟੋ- ਘੱਟ ਤਾਪਮਾਨ ਘੱਟ ਜਾਣ ਕਾਰਨ ਦੇਸ਼ ਦੇ ਕੁਝ ਹਿੱਸਿਆਂ ਵਿੱਚ ਸਵੇਰ ਵੇਲੇ ਠੰਡ ਵੱਧ ਗਈ ਹੈ। ਮੌਸਮ ਵਿਭਾਗ ਨੇ ਦੱਖਣੀ ਭਾਰਤ ਵਿੱਚ ਭਾਰੀ ਮੀਂਹ, ਗਰਜ-ਤੂਫ਼ਾਨ ਅਤੇ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਹੈ ਅਤੇ ਨਾਲ ਹੀ ਕਈ ਉੱਤਰੀ ਅਤੇ ਉੱਤਰ- ਪੂਰਬੀ ਖੇਤਰਾਂ ਵਿੱਚ ਸੰਘਣੀ ਧੁੰਦ ਬਾਰੇ ਵੀ ਸੁਚੇਤ ਕੀਤਾ ਹੈ।
ਮੌਸਮ ਵਿਭਾਗ ਦੇ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਦੱਖਣੀ ਪ੍ਰਾਇਦੀਪ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 27 ਨਵੰਬਰ ਤੋਂ 1 ਦਸੰਬਰ ਦੇ ਵਿਚਕਾਰ ਤਾਮਿਲਨਾਡੂ, ਪੁਡੂਚੇਰੀ, ਕਰਾਈਕਲ, ਤੱਟੀ ਆਂਧਰਾ ਪ੍ਰਦੇਸ਼ ਅਤੇ ਰਾਇਲਸੀਮਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਕੇਰਲ, ਮਾਹੇ ਅਤੇ ਲਕਸ਼ਦੀਪ ਵਿੱਚ ਕਾਫ਼ੀ ਹਿੱਸਿਆਂ ਵਿੱਚ ਮੀਂਹ ਪੈਣ ਦੀ ਉਮੀਦ ਹੈ, ਜਦਕਿ ਕਰਨਾਟਕ ਦੇ ਕੁਝ ਹਿੱਸਿਆਂ ਵਿੱਚ ਵੀ ਮੀਂਹ ਪੈ ਸਕਦਾ ਹੈ। ਵਿਪਾਗ ਅਨੁਸਾਰ ਕੇਰਲ, ਮਾਹੇ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਦੇ ਕੁਝ ਖਾਸ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਤੂਫ਼ਾਨ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।
ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿੱਚ ਹਵਾ ਦੀ ਗਤੀ 40-50 ਕਿਲੋਮੀਟਰ ਪ੍ਰਤੀ ਘੰਟਾ ਹੋ ਸਕਦੀ ਹੈ ਜੋ ਕਿ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਵੀ ਪਹੁੰਚ ਸਕਦੀ ਹੈ। ਤੱਟੀ ਆਂਧਰਾ ਪ੍ਰਦੇਸ਼, ਯਾਨਮ ਅਤੇ ਰਾਇਲਸੀਮਾ ਵਿੱਚ ਪਹਿਲਾਂ ਹੀ ਮੀਂਹ ਦਰਜ ਕੀਤਾ ਗਿਆ ਹੈ। ਨੇਲੋਰ ਵਿੱਚ 5 ਸੈਂਟੀਮੀਟਰ ਮੀਂਹ ਪਿਆ। ਜਦਕਿ ਪੁਡੂਚੇਰੀ ਅਤੇ ਕੰਨਿਆਕੁਮਾਰੀ ਦੋਵਾਂ ਥਾਵਾਂ ਤੇ 4-4 ਸੈਂਟੀਮੀਟਰ ਮੀਂਹ ਦਰਜ ਕੀਤਾ ਗਿਆ। ਕੋਝੀਕੋਡ ਵਿੱਚ ਵੀ 4 ਸੈਂਟੀਮੀਟਰ ਮੀਂਹ ਪਿਆ ਅਤੇ ਤਿਰੂਚਿਰਾਪੱਲੀ ਵਿੱਚ 3 ਸੈਂਟੀਮੀਟਰ ਮੀਂਹ ਦਰਜ ਕੀਤਾ ਗਿਆ।
ਮੌਸਮ ਵਿਭਾਗ ਨੇ ਕਿਹਾ ਹੈ ਕਿ ਦਿੱਲੀ, ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ ਜਿਸ ਕਾਰਨ ਵਿੱਚ ਆਉਣ-ਜਾਣ ਵਾਲੇ ਲੋਕਾਂ ਨੂੰ ਘੱਟ ਦਿੱਖਣ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹਿਮਾਚਲ ਪ੍ਰਦੇਸ਼ ਵਿੱਚ ਵੀ ਅਜਿਹੇ ਹੀ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ। ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਘੱਟ ਚੱਲ ਰਿਹਾ ਹੈ। ਜੰਮੂ-ਕਸ਼ਮੀਰ ਅਤੇ ਲੱਦਾਖ ਸ਼ਾਮਲ ਹਨ, ਵਿੱਚ ਤਾਪਮਾਨ ਆਮ ਨਾਲੋਂ 1.6 ਤੋਂ 3 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ ਹੈ। ਪੂਰਬੀ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਤਾਪਮਾਨ ਆਮ ਨਾਲੋਂ 3.1 ਤੋਂ 5 ਡਿਗਰੀ ਸੈਲਸੀਅਸ ਘੱਟ ਰਿਹਾ। ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਸਭ ਤੋਂ ਘੱਟ ਤਾਪਮਾਨ ਸੀਕਰ ਵਿਖੇ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਅਸਾਮ, ਮੇਘਾਲਿਆ, ਮਨੀਪੁਰ ਅਤੇ ਤ੍ਰਿਪੁਰਾ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਖੇਤਰ ਵਿੱਚ ਪਹਿਲਾਂ ਹੀ ਅਜਿਹੇ ਹਾਲਾਤ ਦੇਖੇ ਗਏ ਹਨ, ਜਿੱਥੇ ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਸੰਘਣੀ ਧੁੰਦ ਦੀ ਰਿਪੋਰਟ ਕੀਤੀ ਗਈ ਹੈ। ਅਸਾਮ ਅਤੇ ਮੇਘਾਲਿਆ ਦੇ ਕੁਝ ਹਿੱਸਿਆਂ ਵਿੱਚ ਦਰਮਿਆਨੀ ਧੁੰਦ ਵੀ ਦੇਖੀ ਗਈ ਹੈ। ਓਡੀਸ਼ਾ ਦੇ ਕੁਝ ਇਲਾਕਿਆਂ ਵਿੱਚ ਵੀ ਸੰਘਣੀ ਧੁੰਦ ਪੈ ਸਕਦੀ ਹੈ।
ਆਉਣ ਵਾਲੇ ਦਿਨਾਂ ਵਿੱਚ ਅੰਡੇਮਾਨ ਅਤੇ ਨਿਕੋਬਾਰ ਟਾਪੂ ਸਮੂਹ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਸ਼ੁਰੂ ਵਿੱਚ ਕੁੱਝ ਵੱਖ-ਵੱਖ ਥਾਵਾਂ ਤੇ ਹਲਕੀ ਬਾਰਿਸ਼ ਹੋ ਸਕਦੀ ਹੈ ਅਤੇ ਇਸ ਤੋਂ ਬਾਅਦ 27 ਨਵੰਬਰ ਤੋਂ 1 ਦਸੰਬਰ ਦੇ ਵਿਚਕਾਰ ਵਧੇਰੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਉਮੀਦ ਹੈ। 1 ਦਸੰਬਰ ਨੂੰ ਕੁਝ ਥਾਵਾਂ ਤੇ ਭਾਰੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਪੱਛਮੀ ਅਤੇ ਮੱਧ ਭਾਰਤ ਵਿੱਚ ਮੌਸਮ ਮੁੱਖ ਤੌਰ ਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਅਤੇ ਇਸ ਹਫ਼ਤੇ ਮੌਸਮ ਵਿੱਚ ਕੋਈ ਖਾਸ ਹਲਚਲ ਹੋਣ ਦੀ ਉਮੀਦ ਨਹੀਂ ਹੈ। ਹਾਲਾਂਕਿ, ਕਈ ਇਲਾਕਿਆਂ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਘੱਟ ਬਣਿਆ ਹੋਇਆ ਹੈ। ਪੱਛਮੀ ਅਤੇ ਪੂਰਬੀ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਤਾਪਮਾਨ ਆਮ ਨਾਲੋਂ 5 ਡਿਗਰੀ ਸੈਲਸੀਅਸ ਤੋਂ ਵੀ ਘੱਟ ਦਰਜ ਕੀਤਾ ਗਿਆ ਹੈ। ਗੁਜਰਾਤ, ਕੋਂਕਣ ਅਤੇ ਗੋਆ ਦੇ ਨਾਲ-ਨਾਲ ਸੌਰਾਸ਼ਟਰ ਅਤੇ ਕੱਛ ਦੇ ਕੁਝ ਹਿੱਸਿਆਂ ਵਿੱਚ ਵੀ ਘੱਟੋ-ਘੱਟ ਤਾਪਮਾਨ ਆਮ ਨਾਲੋਂ ਘੱਟ ਰਿਹਾ। ਇਸ ਦੇ ਉਲਟ ਸਭ ਤੋਂ ਵੱਧ ਤਾਪਮਾਨ ਕੋਚੀ ਵਿੱਚ 36.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ ਇਸ ਵੇਲੇ ਇੱਕ ‘ਪੱਛਮੀ ਗੜਬੜ’ ਮੱਧ ਟ੍ਰੋਪੋਸਫੀਅਰ ਦੀਆਂ ਪੱਛਮੀ ਹਵਾਵਾਂ ਵਿੱਚ ਇੱਕ ‘ਟ੍ਰਫ’ ਦੇ ਰੂਪ ਵਿੱਚ ਮੌਜੂਦ ਹੈ, ਜਦੋਂ ਕਿ ਲਕਸ਼ਦੀਪ ਅਤੇ ਇਸਦੇ ਆਲੇ ਦੁਆਲੇ ਦੇ ਖੇਤਰਾਂ ਦੇ ਉੱਪਰਲੇ ਵਾਯੂਮੰਡਲ ਵਿੱਚ ਇੱਕ ‘ਚੱਕਰਵਾਤੀ ਸਰਕੂਲੇਸ਼ਨ’ ਮੌਜੂਦ ਹੈ। ਇੱਕ ਹੋਰ ‘ਟ੍ਰਫ’ ਤਾਮਿਲਨਾਡੂ ਦੇ ਤੱਟ ਦੇ ਨੇੜੇ ਮੰਨਾਰ ਦੀ ਖਾੜੀ ਤੋਂ ਬੰਗਾਲ ਦੀ ਖਾੜੀ ਦੇ ਦੱਖਣ-ਪੱਛਮੀ ਹਿੱਸੇ ਤੱਕ ਫੈਲਿਆ ਹੋਇਆ ਹੈ। ਇਸ ਤੋਂ ਇਲਾਵਾ ਦੱਖਣੀ ਬੰਗਲਾਦੇਸ਼, ਗੁਜਰਾਤ (ਨਾਲ ਲੱਗਦੇ ਦੱਖਣ-ਪੱਛਮੀ ਰਾਜਸਥਾਨ ਦੇ ਨਾਲ), ਅਤੇ ਉੱਤਰੀ ਓਡੀਸ਼ਾ ਅਤੇ ਪੱਛਮੀ ਬੰਗਾਲ ਦੇ ਗੰਗਾ ਮੈਦਾਨਾਂ ਦੇ ਨੇੜੇ ਦੇ ਖੇਤਰਾਂ ਵਿੱਚ ‘ਚੱਕਰਵਾਤੀ ਸਰਕੂਲੇਸ਼ਨ’ ਦੇਖੇ ਗਏ ਹਨ।
National
ਰੋਹਤਕ ਵਿੱਚ ਗੈਂਗਵਾਰ ਕਾਰਨ ਚਾਰ ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ
ਰੋਹਤਕ, 26 ਨਵੰਬਰ (ਸ.ਬ.) ਬੀਤੀ ਰਾਤ ਰੋਹਤਕ ਦੇ ਪਿੰਡ ਖਰਾਵੜ ਨੇੜੇ ਇੱਕ ਢਾਬੇ ਤੇ ਸ਼ੱਕੀ ਗੈਂਗ ਨਾਲ ਸਬੰਧਤ ਹਮਲੇ ਵਿੱਚ ਚਾਰ ਨੌਜਵਾਨਾਂ ਦਾ ਕਥਿਤ ਤੌਰ ਤੇ ਗੋਲੀ ਮਾਰ ਕੇ ਕਤਲ ਕਰ ਦਿੱਤੀ ਗਿਆ
ਪ੍ਰਾਪਤ ਜਾਣਕਾਰੀ ਅਨੁਸਾਰ ਪੰਜ ਹਥਿਆਰਬੰਦ ਹਮਲਾਵਰ ਇੱਕ ਸਵਿਫਟ ਕਾਰ ਵਿੱਚ ਢਾਬੇ ਤੇ ਆਏ ਅਤੇ ਖਾਣਾ ਖਾ ਰਹੇ ਨੌਜਵਾਨਾਂ ਦੇ ਇੱਕ ਸਮੂਹ ਤੇ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ। ਅਚਾਨਕ ਹੋਈ ਗੋਲੀਬਾਰੀ ਕਾਰਨ ਗਾਹਕਾਂ ਵਿੱਚ ਦਹਿਸ਼ਤ ਫੈਲ ਗਈ। ਲੋਕਾਂ ਨੇ ਆਪਣੀ ਜਾਨ ਬਚਾਉਣ ਲਈ ਮੇਜ਼ਾਂ ਅਤੇ ਕੁਰਸੀਆਂ ਪਿੱਛੇ ਲੁਕ ਕੇ ਆਸਰਾ ਲਿਆ।
ਕਥਿਤ ਤੌਰ ਤੇ ਤਿੰਨ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਜਦੋਂ ਉਹ ਆਪਣੇ ਖਾਣੇ ਵਾਲੇ ਮੇਜ਼ ਤੇ ਬੈਠੇ ਸਨ। ਚੌਥਾ ਨੌਜਵਾਨ ਸ਼ੁਰੂ ਵਿੱਚ ਭੱਜਣ ਵਿੱਚ ਕਾਮਯਾਬ ਹੋ ਗਿਆ, ਪਰ ਹਮਲਾਵਰਾਂ ਨੇ ਕਥਿਤ ਤੌਰ ਤੇ ਉਸ ਦਾ ਪਿੱਛਾ ਕੀਤਾ ਅਤੇ ਉਸ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।
ਰੋਹਤਕ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲੀਸ ਹਾਮਿਦ ਅਖ਼ਤਰ ਅਤੇ ਐਸ.ਪੀ. ਗੌਰਵ ਰਾਜਪੁਰੋਹਿਤ ਤੇ ਹੋਰ ਸੀਨੀਅਰ ਜ਼ਿਲ੍ਹਾ ਪੁਲੀਸ ਅਧਿਕਾਰੀ ਵੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੌਕੇ ਤੇ ਪਹੁੰਚੇ। ਸੀ.ਆਈ.ਏ., ਸਪੈਸ਼ਲ ਸੈਲ ਅਤੇ ਫੋਰੈਂਸਿਕ ਸਾਇੰਸ ਲੈਬਾਰਟਰੀ ਦੀਆਂ ਟੀਮਾਂ ਨੇ ਅਪਰਾਧ ਵਾਲੀ ਥਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਸਬੂਤ ਇਕੱਠੇ ਕਰਨੇ ਸ਼ੁਰੂ ਕਰ ਦਿੱਤੇ।
ਹਾਲਾਂਕਿ ਮ੍ਰਿਤਕਾਂ ਦੀ ਪਛਾਣ ਹੋਣੀ ਅਜੇ ਬਾਕੀ ਹੈ, ਪਰ ਮੁੱਢਲੀ ਜਾਣਕਾਰੀ ਤੋਂ ਪਤਾ ਚੱਲਦਾ ਹੈ ਕਿ ਮ੍ਰਿਤਕਾਂ ਵਿੱਚੋਂ ਤਿੰਨ ਪਿੰਡ ਡਿਘਲ ਦੇ ਰਹਿਣ ਵਾਲੇ ਸਨ ਅਤੇ ਚੌਥਾ ਗੁਆਂਢੀ ਜ਼ਿਲ੍ਹੇ ਝੱਜਰ ਦੇ ਬੇਰੀ ਖੇਤਰ ਦਾ ਸੀ।
ਜਾਂਚਕਰਤਾ ਇਸ ਹਮਲੇ ਅਤੇ ਭਾਊ ਰਿਤੋਲੀਆ ਤੇ ਸੰਨੀ ਰਿਤੋਲੀਆ ਨਾਲ ਜੁੜੀ ਗੈਂਗ ਦੁਸ਼ਮਣੀ ਵਿਚਕਾਰ ਸੰਭਾਵਿਤ ਸਬੰਧਾਂ ਦੀ ਜਾਂਚ ਕਰ ਰਹੇ ਹਨ। ਪੁਲੀਸ ਪਿੰਡ ਡਿਘਲ ਵਿੱਚ ਹਾਲ ਹੀ ਵਿੱਚ ਹੋਏ ਇੱਕ ਨੌਜਵਾਨ ਦੇ ਕਤਲ ਨਾਲ ਵੀ ਇਸ ਦੇ ਸੰਭਾਵਿਤ ਸਬੰਧਾਂ ਦੀ ਘੋਖ ਕਰ ਰਹੀ ਹੈ।
ਹਮਲੇ ਪਿੱਛੇ ਦੇ ਮਕਸਦ ਅਤੇ ਸ਼ੂਟਰਾਂ ਦੀ ਪਛਾਣ ਅਜੇ ਤੱਕ ਅਧਿਕਾਰਤ ਤੌਰ ਤੇ ਪਤਾ ਨਹੀਂ ਲੱਗ ਸਕੀ ਹੈ। ਅਗਲੇਰੀ ਜਾਂਚ ਜਾਰੀ ਹੈ।
National
ਮੁੰਬਈ ਪੁਲੀਸ ਵੱਲੋਂ ਸੀ.ਜੇ.ਪੀ. ਆਗੂ ਸੌਰਵ ਦਾਸ ਖ਼ਿਲਾਫ਼ ਲੁੱਕ ਆਊਟ ਸਰਕੂਲਰ ਜਾਰੀ
ਨਵੀਂ ਦਿੱਲੀ, 26 ਨਵੰਬਰ (ਸ.ਬ.) ਕੇਂਦਰ ਨੇ ਅੱਜ ਦਿੱਲੀ ਹਾਈ ਕੋਰਟ ਨੂੰ ਦੱਸਿਆ ਕਿ ਸੀ.ਜੇ.ਪੀ. ਦੇ ਸਹਿ-ਕਨਵੀਨਰ ਸੌਰਵ ਦਾਸ, ਜਿਨ੍ਹਾਂ ਨੂੰ ਯੂਨਾਈਟਿਡ ਕਿੰਗਡਮ ਜਾਣ ਤੋਂ ਹਵਾਈ ਅੱਡੇ ਤੇ ਰੋਕਿਆ ਗਿਆ ਸੀ, ਦੇ ਵਿਰੁੱਧ ਮੁੰਬਈ ਪੁਲੀਸ ਵੱਲੋਂ ਇੱਕ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਗਿਆ ਹੈ।
ਇਹ ਦਲੀਲ ਜਸਟਿਸ ਅਮਿਤ ਮਹਾਜਨ ਦੇ ਸਾਹਮਣੇ ਪੇਸ਼ ਕੀਤੀ ਗਈ, ਜਿਨ੍ਹਾਂ ਨੇ ਨੋਟਿਸ ਜਾਰੀ ਕੀਤਾ ਅਤੇ ਦਾਸ ਦੀ ਉਸ ਪਟੀਸ਼ਨ ਤੇ ਕੇਂਦਰ ਤੋਂ ਜਵਾਬ ਮੰਗਿਆ ਜਿਸ ਵਿੱਚ ਉਨ੍ਹਾਂ ਨੂੰ ਯਾਤਰਾ ਕਰਨ ਤੋਂ ਰੋਕਣ ਦੇ ਸਰਕਾਰ ਦੇ ਕਦਮ ਨੂੰ ਚੁਣੌਤੀ ਦਿੱਤੀ ਗਈ ਹੈ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 9 ਦਸੰਬਰ ਲਈ ਸੂਚੀਬੱਧ ਕੀਤੀ ਹੈ।
ਸੁਣਵਾਈ ਦੌਰਾਨ ਕੇਂਦਰ ਦੇ ਵਕੀਲ ਨੇ ਕਿਹਾ ਕਿ ਮੁੰਬਈ ਪੁਲੀਸ ਵੱਲੋਂ 23 ਨਵੰਬਰ ਨੂੰ ਦਾਸ ਦੇ ਵਿਰੁੱਧ ਇੱਕ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਇੱਕ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਗਿਆ ਸੀ ਅਤੇ ਉਨ੍ਹਾਂ ਨੇ ਅਜੇ ਤੱਕ ਇਸ ਦਾ ਜਵਾਬ ਦੇਣਾ ਹੈ।
ਦਾਸ ਦੇ ਵਕੀਲ ਨੇ ਦਲੀਲ ਦਿੱਤੀ ਕਿ ਉਨ੍ਹਾਂ ਨੂੰ ਕਿਸੇ ਵੀ ਐਲ.ਓ.ਸੀ., ਇਸ ਦੇ ਜਾਰੀ ਕਰਨ ਦੇ ਕਾਰਨ ਅਤੇ ਇਸ ਦੇ ਉਦੇਸ਼ ਬਾਰੇ ਜਾਣੂ ਨਹੀਂ ਕਰਵਾਇਆ ਗਿਆ ਸੀ।
ਅਦਾਲਤ ਦਾਸ ਦੀ ਉਸ ਪਟੀਸ਼ਨ ਤੇ ਸੁਣਵਾਈ ਕਰ ਰਹੀ ਸੀ ਜਿਨ੍ਹਾਂ ਨੂੰ ਆਕਸਫੋਰਡ ਯੂਨੀਵਰਸਿਟੀ ਵਿੱਚ ਇੱਕ ਸਮਾਗਮ ਲਈ ਯੂਨਾਈਟਿਡ ਕਿੰਗਡਮ ਜਾਣ ਵਾਲੀ ਉਡਾਣ ਫੜਨ ਤੋਂ ਰੋਕਿਆ ਗਿਆ ਸੀ, ਜਿੱਥੇ ਉਨ੍ਹਾਂ ਨੇ ”ਕਾਕਰੋਚ ਮੂਵਮੈਂਟ ਤੇ ਬੋਲਣਾ ਸੀ।
ਦਾਸ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਨੂੰ 23 ਨਵੰਬਰ ਦੀ ਰਾਤ ਨੂੰ ਲੰਡਨ ਜਾਣ ਵਾਲੀ ਆਪਣੀ ਉਡਾਣ ਵਿੱਚ ਸਵਾਰ ਹੋਣ ਤੋਂ ਪਹਿਲਾਂ ਦਿੱਲੀ ਹਵਾਈ ਅੱਡੇ ਤੇ ਇਮੀਗ੍ਰੇਸ਼ਨ ਕਾਊਂਟਰ ਤੇ ਰੋਕਿਆ ਗਿਆ ਸੀ।
-
International1 month agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International1 month ago
ਮਿਲਟਰੀ ਬੇਸ ਤੇ ਅੱਗ ਲੱਗਣ ਕਾਰਨ 4 ਫ਼ੌਜੀ ਜਵਾਨ ਸ਼ਹੀਦ, 39 ਜ਼ਖਮੀ
-
International2 months agoਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month agoਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ
-
Chandigarh1 month ago
ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਹੋਈ ਪਹਿਲੀ ਗ੍ਰਿਫਤਾਰੀ
-
International2 months agoਪਨਾਮਾ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਕਈ ਇਮਾਰਤਾਂ ਢਹਿ ਢੇਰੀ
-
International1 month agoਸਾਊਦੀ ਅਰਬ ਵਿੱਚ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਹਮਲਾ, 1 ਵਿਅਕਤੀ ਦੀ ਮੌਤ, 8 ਗੰਭੀਰ ਜ਼ਖਮੀ
