Connect with us

National

100 ਫੁੱਟ ਡੂੰਘੀ ਖੱਡ ਵਿੱਚ ਬੱਸ ਡਿੱਗਣ ਕਾਰਨ 2 ਵਿਅਕਤੀਆਂ ਦੀ ਮੌਤ, 16 ਜ਼ਖ਼ਮੀ

Published

on

ਊਧਮਪੁਰ, 21 ਅਕਤੂਬਰ (ਸ.ਬ.) ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿੱਚ ਅੱਜ ਸਵੇਰੇ ਲਾਟੀ ਮੁੱਖ ਦਫ਼ਤਰ ਤੋਂ ਪੰਚੌਂਡ ਰਾਹੀਂ ਊਧਮਪੁਰ ਵੱਲ ਜਾ ਰਹੀ ਬੱਸ ਗੁੱਲੀ ਗਲਾ ਇਲਾਕੇ ਵਿੱਚ ਬੇਕਾਬੂ ਹੋ ਕੇ ਲਗਭਗ 100 ਫੁੱਟ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ 2 ਵਿਅਕਤੀਆਂ ਦੀ ਮੌਤ ਹੋ ਗਈ ਅਤੇ 16 ਯਾਤਰੀਆਂ ਦੇ ਜ਼ਖ਼ਮੀ ਹੋ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ, ਬੱਸ ਅੱਜ ਸਵੇਰੇ ਕਰੀਬ 6:45 ਵਜੇ ਪੰਚੌਂਡ ਤੋਂ ਊਧਮਪੁਰ ਲਈ ਰਵਾਨਾ ਹੋਈ ਸੀ। ਸਵੇਰੇ ਲਗਭਗ 7:30 ਵਜੇ ਲਾਟੀ ਮੁੱਖ ਦਫ਼ਤਰ ਤੋਂ ਕਰੀਬ 45 ਕਿਲੋਮੀਟਰ ਅਤੇ ਪੰਚੌਂਡ ਤੋਂ ਲਗਭਗ ਪੰਜ ਕਿਲੋਮੀਟਰ ਦੂਰ ਗੁੱਲੀ ਗਲਾ ਨੇੜੇ ਇਹ ਹਾਦਸਾ ਵਾਪਰ ਗਿਆ। ਹਾਦਸੇ ਤੋਂ ਤੁਰੰਤ ਬਾਅਦ ਸਥਾਨਕ ਲੋਕ ਮੌਕੇ ਤੇ ਪਹੁੰਚ ਗਏ ਅਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਲੋਕਾਂ ਨੇ ਬੱਸ ਵਿੱਚ ਫਸੇ ਯਾਤਰੀਆਂ ਨੂੰ ਬਾਹਰ ਕੱਢਿਆ ਅਤੇ ਜ਼ਖ਼ਮੀਆਂ ਨੂੰ ਨਿੱਜੀ ਵਾਹਨਾਂ ਦੀ ਮਦਦ ਨਾਲ ਰਾਮਨਗਰ ਦੇ ਉਪ-ਜ਼ਿਲ੍ਹਾ ਹਸਪਤਾਲ ਪਹੁੰਚਾਇਆ।

ਮੁੱਢਲੀ ਜਾਣਕਾਰੀ ਮੁਤਾਬਕ, ਛੇ ਜ਼ਖ਼ਮੀਆਂ ਨੂੰ ਇਲਾਜ ਲਈ ਰਾਮਨਗਰ ਦੇ ਉਪ-ਜ਼ਿਲ੍ਹਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਜਾ ਰਿਹਾ ਹੈ। ਹੋਰ ਜ਼ਖ਼ਮੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੀ ਉਡੀਕ ਹੈ।

ਸਾਬਕਾ ਸਰਪੰਚ ਹੰਸ ਰਾਜ ਮੁਤਾਬਕ, ਹਾਦਸੇ ਵਾਲੀ ਥਾਂ ਤੇ ਸੜਕ ਦੀ ਹਾਲਤ ਕਾਫ਼ੀ ਖ਼ਰਾਬ ਹੈ। ਮੁੱਢਲੇ ਤੌਰ ਤੇ ਸੜਕ ਦੀ ਮਾੜੀ ਹਾਲਤ ਨੂੰ ਹਾਦਸੇ ਦਾ ਸੰਭਾਵੀ ਕਾਰਨ ਮੰਨਿਆ ਜਾ ਰਿਹਾ ਹੈ। ਹਾਲਾਂਕਿ, ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਲੱਗ ਸਕੇਗਾ। ਪ੍ਰਸ਼ਾਸਨ ਅਤੇ ਬਚਾਅ ਟੀਮਾਂ ਮੌਕੇ ਤੇ ਪਹੁੰਚ ਕੇ ਲੋੜੀਂਦੀ ਸਹਾਇਤਾ ਮੁਹੱਈਆ ਕਰਵਾ ਰਹੀਆਂ ਹਨ। ਜ਼ਖ਼ਮੀਆਂ ਦੀ ਹਾਲਤ ਅਤੇ ਹਾਦਸੇ ਨਾਲ ਸਬੰਧਤ ਹੋਰ ਜਾਣਕਾਰੀਆਂ ਇਕੱਠੀਆਂ ਕੀਤੀਆਂ ਜਾ ਰਹੀਆਂ ਹਨ।

ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ ਨੇ ਬੱਸ ਹਾਦਸੇ ਤੋਂ ਬਾਅਦ ਊਧਮਪੁਰ ਦੇ ਡਿਪਟੀ ਕਮਿਸ਼ਨਰ ਅਨੰਤ ਦਿਵੇਦੀ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਥਾਨਕ ਲੋਕਾਂ ਦੀ ਮਦਦ ਨਾਲ ਸਾਰੇ ਯਾਤਰੀਆਂ ਨੂੰ ਬੱਸ ਵਿੱਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।

ਡਾ. ਜਤਿੰਦਰ ਸਿੰਘ ਅਨੁਸਾਰ, ਬਚਾਅ ਟੀਮ ਮੌਕੇ ਤੇ ਪਹੁੰਚ ਗਈ ਹੈ ਅਤੇ 9 ਤੋਂ 10 ਜ਼ਖ਼ਮੀ ਯਾਤਰੀਆਂ ਨੂੰ ਰਾਮਨਗਰ ਦੇ ਉਪ-ਜ਼ਿਲ੍ਹਾ ਹਸਪਤਾਲ ਲਿਜਾਇਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਤੱਕ ਕਿਸੇ ਦੀ ਮੌਤ ਹੋਣ ਦੀ ਸੂਚਨਾ ਨਹੀਂ ਹੈ ਅਤੇ ਪ੍ਰਸ਼ਾਸਨ ਵੱਲੋਂ ਹਰ ਸੰਭਵ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਦਾ ਦਫ਼ਤਰ ਵੀ ਜ਼ਿਲ੍ਹਾ ਪ੍ਰਸ਼ਾਸਨ ਦੇ ਲਗਾਤਾਰ ਸੰਪਰਕ ਵਿੱਚ ਹੈ।

National

ਕੱਚਾ ਘਰ ਢਹਿ-ਢੇਰੀ ਹੋਣ ਕਾਰਨ ਇੱਕ ਪਰਿਵਾਰ ਦੇ 3 ਜੀਆਂ ਦੀ ਮੌਤ, 4 ਜ਼ਖਮੀ

Published

on

By

ਸਿੰਗਰੌਲੀ, 10 ਨਵੰਬਰ (ਸ.ਬ.) ਮੱਧ ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਵਿੱਚ ਇੱਕ ਕੱਚਾ ਘਰ ਡਿੱਗਣ ਨਾਲ ਦੋ ਸਾਲ ਦੀ ਬੱਚੀ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਪਰਿਵਾਰ ਦੇ ਚਾਰ ਹੋਰ ਮੈਂਬਰ ਜ਼ਖਮੀ ਹੋ ਗਏ। ਇੱਕ ਪੁਲੀਸ ਅਧਿਕਾਰੀ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹਾਦਸਾ ਬੀਤੀ ਰਾਤ 10 ਵਜੇ ਦੇ ਕਰੀਬ ਜ਼ਿਲ੍ਹਾ ਹੈਡਕੁਆਰਟਰ ਤੋਂ ਲਗਭਗ 25 ਕਿਲੋਮੀਟਰ ਦੂਰ ਕੋਤਵਾਲੀ ਥਾਣਾ ਖੇਤਰ ਵਿੱਚ ਸਥਿਤ ਬਰਹਾਪਨ ਪਿੰਡ ਦੇ ਜਲਹਥਨੀ ਟੋਲਾ ਵਿੱਚ ਵਾਪਰਿਆ।

ਚਸ਼ਮਦੀਦਾਂ ਦੇ ਅਨੁਸਾਰ, ਪਰਿਵਾਰ ਰਾਤ ਦੇ ਖਾਣੇ ਤੋਂ ਬਾਅਦ ਆਪਣੇ ਘਰ ਵਿੱਚ ਸੌਂ ਰਿਹਾ ਸੀ। ਇਸ ਦੌਰਾਨ ਘਰ ਅਚਾਨਕ ਢਹਿ-ਢੇਰੀ ਹੋ ਗਿਆ ਅਤੇ ਮਲਬੇ ਵਿੱਚ ਬਦਲ ਗਿਆ। ਉਨ੍ਹਾਂ ਕਿਹਾ ਕਿ ਘਰ ਦੇ ਅਚਾਨਕ ਢਹਿ ਜਾਣ ਕਾਰਨ ਪਰਿਵਾਰ ਦੇ ਮੈਂਬਰਾਂ ਨੂੰ ਸੰਭਲਣ ਦਾ ਮੌਕਾ ਨਹੀਂ ਮਿਲਿਆ ਅਤੇ ਉਹ ਸਾਰੇ ਮਲਬੇ ਹੇਠ ਦੱਬ ਗਏ। ਕੋਤਵਾਲੀ ਪੁਲੀਸ ਸਟੇਸ਼ਨ ਦੇ ਇੰਚਾਰਜ ਅਭਿਮਨਿਊ ਦਿਵੇਦੀ ਨੇ ਦੱਸਿਆ ਕਿ ਹਾਦਸੇ ਵਿੱਚ ਅਰੁਣ ਵਿਸ਼ਵਕਰਮਾ (36), ਉਸਦੀ ਮਾਂ ਸਤੁਲਿਆ ਦੇਵੀ (65) ਅਤੇ ਦੋ ਸਾਲਾ ਧੀ ਪੁਸ਼ਪਾ ਵਿਸ਼ਵਕਰਮਾ ਦੀ ਮੌਤ ਹੋ ਗਈ।

ਉਨ੍ਹਾਂ ਕਿਹਾ ਕਿ ਸੂਚਨਾ ਮਿਲਦੇ ਹੀ ਪੁਲੀਸ ਅਤੇ ਪ੍ਰਸ਼ਾਸਨ ਦੀ ਟੀਮ ਮੌਕੇ ਤੇ ਪਹੁੰਚ ਗਈ ਅਤੇ ਜੇਸੀਬੀ ਦੀ ਮਦਦ ਨਾਲ ਮਲਬਾ ਹਟਾਉਣ ਅਤੇ ਦੱਬੇ ਹੋਏ ਲੋਕਾਂ ਨੂੰ ਬਚਾਉਣ ਲਈ ਮੁਹਿੰਮ ਸ਼ੁਰੂ ਕੀਤੀ ਗਈ। ਦਿਵੇਦੀ ਨੇ ਕਿਹਾ ਕਿ ਪੰਚਨਾਮਾ ਦੀ ਕਾਰਵਾਈ ਤੋਂ ਬਾਅਦ ਤਿੰਨ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਜ਼ਿਲ੍ਹਾ ਟਰਾਮਾ ਸੈਂਟਰ ਭੇਜ ਦਿੱਤਾ ਗਿਆ, ਜਦੋਂ ਕਿ ਚਾਰ ਜ਼ਖਮੀਆਂ ਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਪਿੰਡ ਵਾਸੀਆਂ ਨੇ ਦੱਸਿਆ ਕਿ ਪੀੜਤ ਪਰਿਵਾਰ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਘਰ ਬਣਾਉਣ ਲਈ ਪੈਸੇ ਮਿਲੇ ਸਨ ਅਤੇ ਨਵੇਂ ਘਰ ਦੀ ਉਸਾਰੀ ਦਾ ਕੰਮ ਚੱਲ ਰਿਹਾ ਸੀ ਪਰ ਇਸੇ ਦੌਰਾਨ ਇਹ ਹਾਦਸਾ ਵਾਪਰ ਗਿਆ।

Continue Reading

National

ਤੇਜ਼ ਰਫ਼ਤਾਰ ਕਾਰ ਦੀ ਟੱਕਰ ਕਾਰਨ ਮੋਟਰਸਾਈਕਲ ਸਵਾਰ 3 ਵਿਅਕਤੀਆਂ ਦੀ ਮੌਤ, 1 ਗੰਭੀਰ ਜ਼ਖਮੀ

Published

on

By

ਕੰਨੌਜ, 10 ਨਵੰਬਰ (ਸ.ਬ.) ਉੱਤਰ ਪ੍ਰਦੇਸ਼ ਦੇ ਕੰਨੌਜ ਜ਼ਿਲ੍ਹੇ ਦੇ ਇੰਦਰਗੜ੍ਹ ਇਲਾਕੇ ਵਿੱਚ ਬੀਤੀ ਦੇਰ ਰਾਤ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਚਾਰ ਦੋਸਤਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਇੰਦਰਗੜ੍ਹ ਥਾਣੇ ਦੇ ਮੁਖੀ ਵਿਨੋਦ ਕੁਮਾਰ ਕਸ਼ਯਪ ਨੇ ਅੱਜ ਦੱਸਿਆ ਕਿ ਇਹ ਹਾਦਸਾ ਬੀਤੀ ਰਾਤ ਕਰੀਬ 11:30 ਵਜੇ ਕਚਾਟੀਪੁਰ ਪਿੰਡ ਵਿੱਚ ਸਰਦਾਰ ਪਟੇਲ ਇੰਟਰ ਕਾਲਜ ਦੇ ਨੇੜੇ ਵਾਪਰਿਆ। ਉਨ੍ਹਾਂ ਦੱਸਿਆ ਕਿ ਅਗੌਸ ਪਿੰਡ ਦੇ ਰਹਿਣ ਵਾਲੇ ਚਾਰ ਦੋਸਤ ਮਨੀਸ਼ (28), ਵੇਦ ਪ੍ਰਕਾਸ਼ (40), ਵਿਜੇ (35) ਅਤੇ ਆਸ਼ੀਸ਼ (24) ਇੱਕੋ ਮੋਟਰਸਾਈਕਲ ਤੇ ਸਵਾਰ ਹੋ ਕੇ ਆਪਣੇ ਘਰ ਤੋਂ ਪਟੇਲ ਨਗਰ ਤਿਰਾਹੇ ਵੱਲ ਜਾ ਰਹੇ ਸਨ।

ਕਸ਼ਯਪ ਨੇ ਦੱਸਿਆ ਕਿ ਇਸੇ ਦੌਰਾਨ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੀ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਚਾਰੇ ਨੌਜਵਾਨ ਉਛਲ ਕੇ ਕਰੀਬ 15 ਮੀਟਰ ਦੂਰ ਜਾ ਡਿੱਗੇ। ਥਾਣਾ ਮੁਖੀ ਅਨੁਸਾਰ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਤੁਰੰਤ ਮੌਕੇ ਤੇ ਪਹੁੰਚੀ ਅਤੇ ਐਂਬੂਲੈਂਸ ਦੀ ਮਦਦ ਨਾਲ ਚਾਰਾਂ ਜ਼ਖ਼ਮੀਆਂ ਨੂੰ ਸਰਕਾਰੀ ਮੈਡੀਕਲ ਕਾਲਜ ਪਹੁੰਚਾਇਆ ਗਿਆ। ਉੱਥੇ ਡਾਕਟਰਾਂ ਨੇ ਮਨੀਸ਼, ਵੇਦ ਪ੍ਰਕਾਸ਼ ਅਤੇ ਵਿਜੇ ਨੂੰ ਮ੍ਰਿਤਕ ਐਲਾਨ ਦਿੱਤਾ।

ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਆਸ਼ੀਸ਼ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਬਿਹਤਰ ਇਲਾਜ ਲਈ ਕਾਨਪੁਰ ਦੇ ਉੱਚ ਮੈਡੀਕਲ ਕੇਂਦਰ (ਹਾਇਰ ਸੈਂਟਰ) ਵਿੱਚ ਰੈਫਰ ਕਰ ਦਿੱਤਾ ਗਿਆ ਹੈ। ਪੁਲੀਸ ਸੂਤਰਾਂ ਅਨੁਸਾਰ ਹਾਦਸੇ ਤੋਂ ਬਾਅਦ ਕਾਰ ਚਾਲਕ ਵਾਹਨ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲੀਸ ਉਸ ਦੀ ਭਾਲ ਕਰ ਰਹੀ ਹੈ ਅਤੇ ਹਾਦਸੇ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Continue Reading

National

ਅਣਪਛਾਤੇ ਵਾਹਨ ਦੀ ਟੱਕਰ ਕਾਰਨ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਤ

Published

on

By

ਗੋਪਾਲਗੰਜ, 10 ਨਵੰਬਰ (ਸ.ਬ.) ਗੋਪਾਲਗੰਜ ਦੇ ਮਹੰਮਦਪੁਰ ਥਾਣਾ ਖੇਤਰ ਦੇ ਸਿਧਵਲੀਆ ਪਿੰਡ ਵਿੱਚ ਬੀਤੀ ਰਾਤ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਕਾਰਨ ਬਾਈਕ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲੀਸ ਮੌਕੇ ਤੇ ਪਹੁੰਚੀ ਅਤੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਦਰ ਹਸਪਤਾਲ ਭੇਜ ਦਿੱਤਾ। ਮ੍ਰਿਤਕਾਂ ਦੀ ਪਛਾਣ ਸਿਧਵਲੀਆ ਪਿੰਡ ਦੇ ਰਹਿਣ ਵਾਲੇ ਅਕਸ਼ੈ ਰਾਮ ਅਤੇ ਉਨ੍ਹਾਂ ਦੀ ਪਤਨੀ ਪੁਸ਼ਪਾ ਦੇਵੀ ਵਜੋਂ ਹੋਈ ਹੈ।

ਜ਼ਿਕਰਯੋਗ ਹੈ ਕਿ ਬੀਤੀ ਰਾਤ ਪਤੀ-ਪਤਨੀ ਕਿਸੇ ਕੰਮ ਲਈ ਘਰੋਂ ਨਿਕਲੇ ਸਨ। ਇਸੇ ਦੌਰਾਨ ਰਸਤੇ ਵਿੱਚ ਇੱਕ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਦੀ ਮੌਕੇ ਤੇ ਹੀ ਮੌਤ ਹੋ ਗਈ।

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰ ਮੌਕੇ ਤੇ ਪਹੁੰਚ ਗਏ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਕਸ਼ੈ ਰਾਮ ਅਤੇ ਪੁਸ਼ਪਾ ਦੇਵੀ ਦਾ ਵਿਆਹ ਨਵੰਬਰ 2025 ਵਿੱਚ ਹੋਇਆ ਸੀ। ਦੋਵਾਂ ਦੇ ਵਿਆਹ ਨੂੰ ਅਜੇ ਇੱਕ ਸਾਲ ਵੀ ਪੂਰਾ ਨਹੀਂ ਹੋਇਆ ਸੀ ਕਿ ਸੜਕ ਹਾਦਸੇ ਨੇ ਉਨ੍ਹਾਂ ਦੀ ਜਾਨ ਲੈ ਲਈ।

ਉੱਥੇ ਹੀ, ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਣਪਛਾਤੇ ਵਾਹਨ ਦੀ ਪਛਾਣ ਕਰਨ ਅਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ।

Continue Reading

Latest News

Trending