Connect with us

Chandigarh

ਹੰਗਾਮੇ ਭਰਿਆ ਰਿਹਾ ਵਿਧਾਨ ਸਭਾ ਸ਼ੈਸ਼ਨ ਦਾ ਦੂਜਾ ਦਿਨ

Published

on

ਸਦਨ ਦੀ ਕਾਰਵਾਈ 27 ਅਕਤੂਬਰ ਤੱਕ ਮੁਲਤਵੀ

ਚੰਡੀਗੜ੍ਹ, 23 ਅਕਤੂਬਰ (ਸ.ਬ.) ਪੰਜਾਬ ਵਿਧਾਨ ਸਭਾ ਦੇ ਇਜਲਾਸ ਦਾ ਦੂਜਾ ਦਿਨ ਹੰਗਾਮੇ ਭਰਿਆ ਰਿਹਾ। ਇਸ ਦੌਰਾਨ ਕਾਂਗਰਸੀ ਵਿਧਾਇਕ ਲਾਹਨਤ ਪੱਤਰ ਲੈ ਕੇ ਵਿਧਾਨ ਸਭਾ ਪਹੁੰਚੇ। ਇਜਲਾਸ ਦੌਰਾਨ ਵਿਰੋਧੀ ਧਿਰ ਦੇ ਵਿਧਾਇਕਾਂ ਵੱਲੋਂ ਭਾਰੀ ਹੰਗਾਮਾ ਕੀਤਾ ਗਿਆ। ਵਿਰੋਧ ਪ੍ਰਗਟਾਉਂਦੇ ਹੋਏ ਵਿਰੋਧੀ ਧਿਰ ਦੇ ਵਿਧਾਇਕਾਂ ਨੇ ਸਰਕਾਰ ਵਿਰੋਧੀ ਲਾਹਣਤ ਪੱਤਰ ਸਪੀਕਰ ਦੀ ਆਸੰਦ ਵੱਲ ਵਗਾਹ ਕੇ ਮਾਰੇ। ਇਸ ਤੋਂ ਬਾਅਦ ਸਰਕਾਰ ਦੇ ਰਵੱਈਏ ਅਤੇ ਕਾਰਵਾਈ ਤੋਂ ਅਸੰਤੁਸ਼ਟ ਵਿਰੋਧੀ ਧਿਰ ਦੇ ਮੈਂਬਰ ਸਦਨ ਵਿੱਚੋਂ ਵਾਕਆਊਟ ਕਰ ਗਏ।

ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਵਿਰੋਧੀ ਧਿਰ ਵੱਲੋਂ ਜ਼ੋਰਦਾਰ ਹੰਗਾਮਾ ਅਤੇ ਸਖ਼ਤ ਵਿਰੋਧ ਕੀਤਾ ਗਿਆ, ਜਿਸ ਕਾਰਨ ਸਦਨ ਦੀ ਕਾਰਵਾਈ ਵਿੱਚ ਭਾਰੀ ਵਿਘਨ ਪਿਆ। ਵਿਰੋਧੀ ਧਿਰ ਦੇ ਮੈਂਬਰਾਂ ਵੱਲੋਂ ਕੀਤੇ ਜਾ ਰਹੇ ਲਗਾਤਾਰ ਸ਼ੋਰ-ਸ਼ਰਾਬੇ ਅਤੇ ਨਾਅਰੇਬਾਜ਼ੀ ਦੇ ਦਰਮਿਆਨ ਹੀ ਸਪੀਕਰ ਵੱਲੋਂ ਪ੍ਰਸ਼ਨ ਕਾਲ ਦੀ ਕਾਰਵਾਈ ਜਾਰੀ ਰੱਖੀ ਗਈ।

ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੇਅਦਬੀ ਦੇ ਮਾਮਲਿਆਂ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਗਈ, ਸੂਬੇ ਵਿੱਚ ਨਸ਼ਾ ਮਾਫੀਆ ਦੀ ਸਰਪਰਸਤੀ ਕੀਤੀ ਅਤੇ ਪੰਜਾਬ ਸਿਰ ਕਰਜ਼ੇ ਦਾ ਬੋਝ ਵਧਾਇਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਗੈਂਗਸਟਰਾਂ ਦੀ ਪੁਸ਼ਤ ਪਨਾਹੀ ਕੀਤੀ ਹੈ ਅਤੇ ਮਾਈਨਿੰਗ ਨੂੰ ਰੋਕਣ ਵਿੱਚ ਨਾਕਾਮ ਰਹੇ ਹਨ ਇਸ ਤੋਂ ਇਲਾਵਾ ਕਿਸਾਨੀ ਮੁੱਦਿਆਂ ਅਤੇ ਪੰਜਾਬ ਦੇ ਡੈਮਾਂ ਦੀ ਰਾਖੀ ਕਰਨ ਵਿੱਚ ਨਾਕਾਮ ਰਹੀ ਹੈ।

ਪੰਜਾਬ ਵਿਧਾਨ ਸਭਾ ਦੇ ਇਜਲਾਸ ਦੀ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਕਾਂਗਰਸੀ ਵਿਧਾਇਕਾਂ ਨੇ ਪੰਜਾਬ ਵਿੱਚ ਝੋਟੇ ਦੀ ਮੌਤ ਅਤੇ ਕਾਨੂੰਨ ਵਿਵਸਥਾ ਦਾ ਮੁੱਦਾ ਚੁੱਕਿਆ। ਇਸ ਦੇ ਨਾਲ ਹੀ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ। ਜਿਸ ਦੇ ਚਲਦਿਆਂ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਵਿੱਚ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਅਤੇ ਕਾਂਗਰਸੀ ਵਿਧਾਇਕ ਸੀਟਾਂ ਤੋਂ ਅੱਗੇ ਵਿਚ ਪਹੁੰਚ ਗਏ ਜਿਨ੍ਹਾਂ ਨੂੰ ਰੋਕਣ ਲਈ ਮਾਰਸ਼ਲ ਤੈਨਾਤ ਕੀਤੇ ਗਏ।

ਇਸ ਦੌਰਾਨ ਆਮ ਆਦਮੀ ਪਾਰਟੀ ਤੇ ਵਿਧਾਇਕਾਂ ਨੇ ਵੀ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਵਿਧਾਨ ਸਭਾ ਦੀ ਕਾਰਜਵਿਧੀ ਅਤੇ ਕਾਰਜ ਸੰਚਾਲਨ ਨਿਯਮਾਵਲੀ ਦੇ ਨਿਯਮ 97 (2) ਦੇ ਅਨੁਸਾਰ ਪ੍ਰਸਤਾਵ ਪੇਸ਼ ਕੀਤਾ ਗਿਆ। ਇਸ ਮਤੇ ਵਿੱਚ ਦੋਸ਼ ਲਾਇਆ ਗਿਆ ਕਿ ਮੈਂਬਰ ਸੁਖਪਾਲ ਸਿੰਘ ਖਹਿਰਾ ਨੇ ਚੇਅਰ ਦੇ ਵਾਰ-ਵਾਰ ਮਨ੍ਹਾਂ ਕਰਨ ਦੇ ਬਾਵਜੂਦ ਹਾਊਸ ਦੇ ਵੈਲ ਵਿੱਚ ਆ ਕੇ ਚੇਅਰ ਖ਼ਿਲਾਫ਼ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ, ਸਦਨ ਦੇ ਕੀਮਤੀ ਸਮੇਂ ਨੂੰ ਬਰਬਾਦ ਕੀਤਾ ਅਤੇ ਚੇਅਰ ਦੇ ਹੁਕਮਾਂ ਦੀ ਪ੍ਰਵਾਹ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਖਹਿਰਾ ਨੇ ਜਾਣ-ਬੁੱਝ ਕੇ ਸਦਨ ਦੀ ਕਾਰਵਾਈ ਵਿੱਚ ਵਿਘਨ ਪਾਇਆ ਹੈ। ਇਸ ਅਨੁਸ਼ਾਸਨਹੀਣਤਾ ਦੇ ਮੱਦੇਨਜ਼ਰ, ਸਦਨ ਨੇ ਮਤਾ ਪਾਸ ਕਰਕੇ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਵਿਧਾਨ ਸਭਾ ਦੇ ਇਸ ਇਜਲਾਸ ਦੇ ਰਹਿੰਦੇ ਸਮੇਂ ਲਈ ਮੁਅੱਤਲ ਕਰ ਦਿੱਤਾ।

ਇਸ ਦੌਰਾਨ ਅੱਜ ਸਦਨ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਮਤਾ ਪਾਸ ਕੀਤਾ ਅਤੇ ਵੋਟਰ ਸੂਚੀਆਂ ਵਿੱਚ ਬੇਨਿਯਮੀਆਂ ਦੀ ਸੁਤੰਤਰ ਜਾਂਚ ਅਤੇ ਮੁੱਖ ਚੋਣ ਕਮਿਸ਼ਨਰ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ। ਮਤੇ ਵਿੱਚ ਸਦਨ ਨੇ ਨਾਗਰਿਕਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਤੋਂ ਕਥਿਤ ਤੌਰ ਤੇ ਵਾਂਝੇ ਕੀਤੇ ਜਾਣ ਦੀਆਂ ਘਟਨਾਵਾਂ ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਅਤੇ ਸਦਨ ਨੇ ਮੰਗ ਕੀਤੀ ਕਿ ਸਾਰੇ ਯੋਗ ਨਾਗਰਿਕਾਂ ਦੇ ਵੋਟ ਦੇ ਅਧਿਕਾਰ ਦੀ ਸੰਵਿਧਾਨਕ ਸੁਰੱਖਿਆ ਯਕੀਨੀ ਬਣਾਈ ਜਾਵੇ। ਸਦਨ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਅਗਵਾਈ ਹੇਠ ਚੋਣ ਪ੍ਰਕਿਰਿਆ ਅਤੇ ਵੋਟਰ ਸੂਚੀਆਂ ਨਾਲ ਸੰਬੰਧਿਤ ਕਥਿਤ ਬੇਨਿਯਮੀਆਂ ਦੀ ਜਾਂਚ ਲਈ ਇੱਕ ਸੁਤੰਤਰ, ਨਿਰਪੱਖ ਅਤੇ ਭਰੋਸੇਯੋਗ ਜਾਂਚ ਤੰਤਰ ਸਥਾਪਤ ਕਰਨ ਦੀ ਮੰਗ ਕੀਤੀ ਤਾਂ ਜੋ ਸੱਚਾਈ ਸਾਹਮਣੇ ਆ ਸਕੇ ਅਤੇ ਜਵਾਬਦੇਹੀ ਤਹਿ ਹੋ ਸਕੇ। ਸਦਨ ਨੇ ਕੇਂਦਰ ਸਰਕਾਰ ਅਤੇ ਸੰਬੰਧਿਤ ਸੰਵਿਧਾਨਕ ਅਥਾਰਟੀਜ਼ ਨੂੰ ਅਪੀਲ ਕੀਤੀ ਕਿ ਚੋਣ ਕਮਿਸ਼ਨ ਦੀ ਆਜ਼ਾਦੀ, ਨਿਰਪੱਖਤਾ ਅਤੇ ਜਵਾਬਦੇਹੀ ਯਕੀਨੀ ਬਣਾਈ ਜਾਵੇ ਅਤੇ ਇਸ ਮਤੇ ਦੀ ਕਾਪੀ ਭਾਰਤ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਮੁੱਖ ਚੋਣ ਕਮਿਸ਼ਨਰ ਨੂੰ ਅਗਲੀ ਢੁਕਵੀਂ ਕਾਰਵਾਈ ਲਈ ਭੇਜੀ ਜਾਵੇ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੋਸ਼ ਲਗਾਇਆ ਕਿ ਪੈਰਿਸ ਤੋਂ ਵਾਪਸੀ ਤੇ ਉਨ੍ਹਾਂ ਨੂੰ ਦਿੱਲੀ ਦੇ ਹਵਾਈ ਅੱਡੇ ਤੇ ਕਸਟਮ ਵਿਭਾਗ ਵੱਲੋਂ ਕਰੀਬ ਦੋ ਘੰਟੇ ਤੱਕ ਪਰੇਸ਼ਾਨ ਕੀਤਾ ਗਿਆ। ਇਸ ਘਟਨਾ ਨੂੰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨਾਲ ਜੋੜਦਿਆਂ ਮੁੱਖ ਮੰਤਰੀ ਨੇ ਦੋਸ਼ ਲਗਾਇਆ ਕਿ ਇਹ ਕਾਰਵਾਈ ਗਿਆਨੇਸ਼ ਕੁਮਾਰ ਵਿਰੁੱਧ ਆਪ ਦੇ ਰੁਖ਼ ਦੇ ਬਦਲੇ ਵਜੋਂ ਕੀਤੀ ਗਈ ਹੈ। ਉਨ੍ਹਾਂ ਨੇ ਸੀਨੀਅਰ ਕਸਟਮ ਅਧਿਕਾਰੀ ਮਨੀਸ਼ ਕੁਮਾਰ ਦਾ ਜ਼ਿਕਰ ਕੀਤਾ, ਜੋ ਉਨ੍ਹਾਂ ਦੇ ਮੁਤਾਬਕ ਗਿਆਨੇਸ਼ ਕੁਮਾਰ ਦੇ ਭਰਾ ਹਨ। ਇਹ ਵਿਵਾਦ ਇਸ ਹਫ਼ਤੇ ਦੇ ਸ਼ੁਰੂ ਵਿੱਚ ਮਾਨ ਦੀ ਪੈਰਿਸ ਫੇਰੀ ਤੋਂ ਵਾਪਸੀ ਨਾਲ ਜੁੜਿਆ ਹੋਇਆ ਹੈ। ਰਿਪੋਰਟਾਂ ਅਨੁਸਾਰ, ਕਸਟਮ ਅਧਿਕਾਰੀਆਂ ਨੇ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਦੇ ਸਾਮਾਨ ਦੀ ਚੈਕਿੰਗ ਕੀਤੀ ਸੀ ਅਤੇ ਬਾਅਦ ਵਿੱਚ 50,000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਸੀ।

ਇਸ ਦੌਰਾਨ ਅਬੋਹਰ ਵਿਖੇ ਗੋਲੀਬਾਰੀ ਦੌਰਾਨ ਮਾਰੇ ਗਏ ਅਜੇ ਕੁਮਾਰ ਦੇ ਕਾਤਲਾਂ ਨੂੰ ਗ੍ਰਿਫਤਾਰ ਕਰਵਾਉਣ ਲਈ ਅੱਜ ਉਸ ਦੀ ਮਾਂ ਮੰਜੂ ਅਤੇ ਭੈਣ ਸਿਮਰਨ ਜੋਤ ਅੱਜ ਦੂਜੇ ਦਿਨ ਵੀ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਨਾਲ ਪੰਜਾਬ ਵਿਧਾਨ ਸਭਾ ਦੇ ਬਾਹਰ ਪਹੁੰਚੇ। ਇਸ ਮੌਕੇ ਸੁਨੀਲ ਜਾਖੜ ਵੱਲੋਂ ਪੀੜਿਤ ਪਰਿਵਾਰ ਨੂੰ ਨਾਲ ਲੈ ਕੇ ਵਿਧਾਨ ਸਭਾ ਦੇ ਬਾਹਰ ਧਰਨਾ ਦਿੱਤਾ ਗਿਆ ਅਤੇ ਪੀੜਿਤ ਪਰਿਵਾਰ ਨੂੰ ਇਨਸਾਫ ਦੇਣ ਦੀ ਮੰਗ ਕੀਤੀ ਗਈ। ਸੁਨੀਲ ਜਾਖੜ ਅਤੇ ਪੀੜਿਤ ਪਰਿਵਾਰ ਨੇ ਕਿਹਾ ਕਿ ਅਜੇ ਕੁਮਾਰ ਦੀ 27 ਸਤੰਬਰ ਨੂੰ ਅਬੋਹਰ ਵਿਖੇ ਗੋਲੀਆਂ ਮਾਰ ਦਿੱਤੀਆਂ ਸਨ। ਜਿਸ ਦੀ ਡੀ ਐਮ ਸੀ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਸੀ। ਪੁਲੀਸ ਨੂੰ ਬਿਆਨ ਦੇਣ ਦੇ ਬਾਵਜੂਦ ਪੁਲੀਸ ਵੱਲੋਂ ਨਾ ਤਾਂ ਕੋਈ ਕੇਸ ਦਰਜ ਕੀਤਾ ਗਿਆ ਅਤੇ ਨਾ ਹੀ ਕਿਸੇ ਨੂੰ ਗ੍ਰਿਫਤਾਰ ਕੀਤਾ ਗਿਆ।

Chandigarh

ਚੰਡੀਗੜ੍ਹ ਦੇ ਵਿਦਿਆਰਥੀ ਨੈਤਿਕ ਦੇ ਕਤਲ ਕਾਂਡ ਦੇ ਆਰੋਪੀ ਵਲੋਂ ਪੁਲੀਸ ਹਿਰਾਸਤ ਤੋਂ ਫਰਾਰ ਹੋਣ ਦਾ ਯਤਨ

Published

on

By

ਪੁਲੀਸ ਮੁਲਾਜਮ ਦੀ ਪਿਸਤੌਲ ਖੋਹ ਕੇ ਚਲਾਈ ਗੋਲੀ, ਜਵਾਬੀ ਫਾਇਰਿੰਗ ਵਿੱਚ ਹੋਇਆ ਜਖਮੀ

ਚੰਡੀਗੜ੍ਹ, 24 ਅਕਤੂਬਰ (ਸ.ਬ.) ਸੈਕਟਰ-22 ਵਿੱਚ ਨੈਤਿਕ ਖੰਡੇਲਵਾਲ ਦੇ ਕਤਲ ਮਾਮਲੇ ਵਿੱਚ ਅੱਜ ਸਵੇਰੇ ਹਥਿਆਰ ਬਰਾਮਦ ਕਰਨ ਲਈ ਸੈਕਟਰ-50 ਦੇ ਜੰਗਲਾਂ ਵਿੱਚ ਲਿਜਾਏ ਗਏ ਮੁਲਜ਼ਮ ਮਨਮੇਹਰ ਪ੍ਰੀਤ ਸਿੰਘ ਨੇ ਪੁਲੀਸ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ। ਪੁਲੀਸ ਅਨੁਸਾਰ, ਉਸ ਨੇ ਇੱਕ ਪੁਲੀਸ ਮੁਲਾਜ਼ਮਾਂ ਨੂੰ ਧੱਕਾ ਦਿੱਤਾ ਅਤੇ ਇਕ ਪਿਸਤੌਲ ਖੋਹ ਕੇ ਪੁਲੀਸ ਟੀਮ ਤੇ ਗੋਲੀ ਚਲਾ ਦਿੱਤੀ। ਗੋਲੀ ਏਐਸਆਈ ਪ੍ਰਦੀਪ ਦੀ ਬੁਲੇਟਪਰੂਫ ਜੈਕੇਟ ਤੇ ਲੱਗੀ, ਜਿਸ ਕਾਰਨ ਉਨ੍ਹਾਂ ਦੀ ਜਾਨ ਬਚ ਗਈ।

ਪੁਲੀਸ ਦੀ ਜਵਾਬੀ ਫਾਇਰਿੰਗ ਵਿੱਚ ਮਨਮੇਹਰ ਦੀ ਸੱਜੀ ਲੱਤ ਵਿੱਚ ਗੋਲੀ ਲੱਗੀ। ਜ਼ਖ਼ਮੀ ਮੁਲਜ਼ਮ ਨੂੰ ਸੈਕਟਰ-32 ਸਥਿਤ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੌਰਾਨ ਉਸ ਦਾ ਭਰਾ ਅਰਸ਼ ਵੀ ਮੌਕੇ ਤੇ ਮੌਜੂਦ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਜਾਂਚ ਦੌਰਾਨ ਮੁਲਜ਼ਮਾਂ ਨੇ ਕਥਿਤ ਤੌਰ ਤੇ ਦੱਸਿਆ ਸੀ ਕਿ ਨੈਤਿਕ ਦੇ ਕਤਲ ਵਿੱਚ ਵਰਤਿਆ ਗਿਆ ਹਥਿਆਰ ਸੈਕਟਰ-50 ਦੇ ਜੰਗਲਾਂ ਵਿੱਚ ਲੁਕਾਇਆ ਗਿਆ ਹੈ। ਇਸੇ ਹਥਿਆਰ ਦੀ ਬਰਾਮਦਗੀ ਲਈ ਅੱਜ ਸਵੇਰੇ ਆਪ੍ਰੇਸ਼ਨ ਸੈਲ ਦੀ ਟੀਮ ਦੋਵਾਂ ਭਰਾਵਾਂ ਨੂੰ ਉੱਥੇ ਲੈ ਕੇ ਪਹੁੰਚੀ ਸੀ। ਪੁਲੀਸ ਮੁਤਾਬਕ, ਹਥਿਆਰ ਬਰਾਮਦ ਕਰਨ ਦੀ ਕਾਰਵਾਈ ਦੌਰਾਨ ਮਨਮੇਹਰ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲੀਸ ਮੁਲਾਜ਼ਮਾਂ ਤੋਂ ਹਥਿਆਰ ਖੋਹ ਕੇ ਗੋਲੀਬਾਰੀ ਕਰ ਦਿੱਤੀ।

ਪੁਲੀਸ ਟੀਮ ਤੇ ਗੋਲੀ ਚਲਾਏ ਜਾਣ ਤੋਂ ਬਾਅਦ ਜਵਾਬੀ ਫਾਇਰਿੰਗ ਦੌਰਾਨ ਮਨਮੇਹਰ ਦੀ ਸੱਜੀ ਲੱਤ ਵਿੱਚ ਗੋਲੀ ਲੱਗੀ। ਇਸ ਤੋਂ ਬਾਅਦ ਉਸ ਨੂੰ ਇਲਾਜ ਲਈ ਸੈਕਟਰ-32 ਦੇ ਹਸਪਤਾਲ ਵਿੱਚ ਪਹੁੰਚਾਇਆ ਗਿਆ।

ਮਾਮਲੇ ਵਿੱਚ ਘਟਨਾ ਸਥਾਨ ਦੀ ਜਾਂਚ ਅਤੇ ਹਥਿਆਰ ਦੀ ਬਰਾਮਦਗੀ ਨਾਲ ਸਬੰਧਤ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਮਨਮੇਹਰ ਪ੍ਰੀਤ ਸਿੰਘ ਦਾ ਪਿਤਾ ਪੰਜਾਬ ਪੁਲੀਸ ਦੇ ਇੰਟੈਲੀਜੈਂਸ ਵਿਭਾਗ ਵਿੱਚ ਤਾਇਨਾਤ ਦੱਸਿਆ ਜਾਂਦਾ ਹੈ। ਨੈਤਿਕ ਕਤਲ ਮਾਮਲੇ ਵਿੱਚ ਮਨਮੇਹਰ ਅਤੇ ਉਸ ਦੇ ਭਰਾ ਅਰਸ਼ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲੀਸ ਹੁਣ ਇਹ ਪਤਾ ਲਗਾਉਣ ਵਿੱਚ ਜੁਟੀ ਹੈ ਕਿ ਕਤਲ ਵਿੱਚ ਵਰਤਿਆ ਗਿਆ ਹਥਿਆਰ ਕਿੱਥੋਂ ਆਇਆ ਸੀ ਅਤੇ ਕੀ ਇਸ ਵਾਰਦਾਤ ਵਿੱਚ ਕਿਸੇ ਹੋਰ ਵਿਅਕਤੀ ਦੀ ਵੀ ਭੂਮਿਕਾ ਸੀ।

Continue Reading

Chandigarh

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ਵਿੱਚ ਨਾਜਾਇਜ਼ ਮਾਈਨਿੰਗ ਵਿਰੁੱਧ ਛਾਪੇਮਾਰੀ

Published

on

By

ਇੱਕ ਵਿਅਕਤੀ ਕਾਬੂ, ਪੋਕਲੇਨ ਮਸ਼ੀਨ ਅਤੇ ਟਿੱਪਰ ਜ਼ਬਤ

ਚੰਡੀਗੜ੍ਹ, 24 ਅਕਤੂਬਰ (ਸ.ਬ.) ਨਾਜਾਇਜ਼ ਮਾਈਨਿੰਗ ਵਿਰੁੱਧ ਮੁਹਿੰਮ ਤਹਿਤ ਮਾਈਨਿੰਗ ਵਿਭਾਗ ਨੇ ਬੀਤੀ ਰਾਤ ਸ੍ਰੀ ਅਨੰਦਪੁਰ ਸਾਹਿਬ ਦੀ ਨੰਗਲ ਤਹਿਸੀਲ ਅਧੀਨ ਪੈਂਦੇ ਪਿੰਡ ਭੱਲਾਣ ਵਿੱਚ ਕੀਤੀ ਛਾਪੇਮਾਰੀ ਦੌਰਾਨ ਨਾਜਾਇਜ਼ ਮਾਈਨਿੰਗ ਲਈ ਵਰਤੀ ਜਾ ਰਹੀ ਇੱਕ ਪੋਕਲੇਨ ਮਸ਼ੀਨ ਅਤੇ ਇੱਕ ਟਿੱਪਰ ਨੂੰ ਜ਼ਬਤ ਕੀਤਾ। ਇਸ ਦੇ ਨਾਲ ਹੀ ਨਾਜਾਇਜ਼ ਮਾਈਨਿੰਗ ਗਤੀਵਿਧੀਆਂ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਵੀ ਮੌਕੇ ਤੇ ਕਾਬੂ ਕੀਤਾ ਗਿਆ ਹੈ।

ਇਸ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਨੂੰ ਰੋਕਣ ਲਈ ਵਿਭਾਗ ਵੱਲੋਂ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਸਬੰਧਤ ਵਿਅਕਤੀ ਵਿਰੁੱਧ ਮਾਈਨਜ਼ ਐਂਡ ਮਿਨਰਲਜ਼ (ਡਿਵੈਲਪਮੈਂਟ ਐਂਡ ਰੈਗੂਲੇਸ਼ਨ) ਐਕਟ, 1957 ਦੀਆਂ ਧਾਰਾਵਾਂ 4(1) ਅਤੇ 21(1) ਤਹਿਤ ਕੇਸ ਦਰਜ ਕੀਤਾ ਗਿਆ ਹੈ।

ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਕਿਹਾ, ਕਿ ਵਿਭਾਗ ਨਾਜਾਇਜ਼ ਮਾਈਨਿੰਗ ਵਿਰੁੱਧ ਆਪਣੀ ਸਖ਼ਤ ਕਾਰਵਾਈ ਜਾਰੀ ਰੱਖੇਗਾ ਅਤੇ ਨਿਯਮਾਂ ਦੀ ਉਲੰਘਣਾ ਪਾਏ ਜਾਣ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Continue Reading

Chandigarh

ਅਸ਼ੀਰਵਾਦ ਸਕੀਮ ਤਹਿਤ 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

Published

on

By

ਚੰਡੀਗੜ੍ਹ, 24 ਅਕਤੂਬਰ (ਸ.ਬ.) ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਅਸ਼ੀਰਵਾਦ ਸਕੀਮ ਤਹਿਤ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰਾਂ ਲਈ ਧੀ ਦੇ ਵਿਆਹ ਲਈ ਚਾਲੂ ਵਿੱਤੀ ਸਾਲ 2026-27 ਦੌਰਾਨ ਅਸ਼ੀਰਵਾਦ ਸਕੀਮ ਤਹਿਤ ਹੁਣ ਤੱਕ 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਅਧੀਨ ਹਰ ਯੋਗ ਲਾਭਪਾਤਰੀ ਨੂੰ ਧੀ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇੱਕ ਪਰਿਵਾਰ ਦੀਆਂ ਵੱਧ ਤੋਂ ਵੱਧ ਦੋ ਧੀਆਂ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ, ਜਿਸ ਨਾਲ ਹੋਰ ਵੱਧ ਲੋੜਵੰਦ ਪਰਿਵਾਰਾਂ ਨੂੰ ਸਮੇਂ ਸਿਰ ਸਹਾਇਤਾ ਮਿਲ ਰਹੀ ਹੈ।

ਉਹਨਾਂ ਦੱਸਿਆ ਕਿ ਜਾਰੀ ਕੀਤੀ ਗਈ ਕੁੱਲ ਰਾਸ਼ੀ ਵਿੱਚੋਂ ਅਨੁਸੂਚਿਤ ਜਾਤੀ ਵਰਗ ਦੇ 8,774 ਲਾਭਪਾਤਰੀਆਂ ਨੂੰ 44.75 ਕਰੋੜ ਰੁਪਏ, ਜਦਕਿ ਆਰਥਿਕ ਤੌਰ ਤੇ ਕਮਜ਼ੋਰ ਵਰਗ (ਈ.ਡਬਲਿਊ.ਐਸ.) ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ 4,010 ਲਾਭਪਾਤਰੀਆਂ ਨੂੰ 20.45 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀ ਵਰਗ ਦੇ 9,183 ਅਤੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ 4,342 ਹੋਰ ਲਾਭਪਾਤਰੀਆਂ ਦੇ ਮਾਮਲਿਆਂ ਵਿੱਚ ਵਿੱਤੀ ਸਹਾਇਤਾ ਜਾਰੀ ਕਰਨ ਦੀ ਪ੍ਰਕਿਰਿਆ ਜਾਰੀ ਹੈ।

ਉਹਨਾਂ ਕਿਹਾ ਕਿ ਅਸ਼ੀਰਵਾਦ ਸਕੀਮ ਤਹਿਤ ਵਿੱਤੀ ਸਹਾਇਤਾ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀ.ਬੀ.ਟੀ.) ਪ੍ਰਣਾਲੀ ਰਾਹੀਂ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਸਮੇਂ ਸਿਰ ਭੁਗਤਾਨ ਯਕੀਨੀ ਬਣਦਾ ਹੈ। ਉਹਨਾਂ ਜ਼ਿਲ੍ਹਾ ਅਤੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਸ਼ੀਰਵਾਦ ਸਕੀਮ ਦਾ ਕੋਈ ਵੀ ਯੋਗ ਲਾਭਪਾਤਰੀ ਇਸ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਅਧਿਕਾਰੀਆਂ ਨੂੰ ਅਰਜ਼ੀਆਂ ਦੀ ਤੁਰੰਤ ਜਾਂਚ ਅਤੇ ਨਿਪਟਾਰਾ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਧੀਆਂ ਦੇ ਵਿਆਹ ਵਰਗੇ ਮਹੱਤਵਪੂਰਨ ਮੌਕੇ ਤੇ ਲੋੜਵੰਦ ਪਰਿਵਾਰਾਂ ਨੂੰ ਸਮੇਂ ਸਿਰ ਵਿੱਤੀ ਸਹਾਇਤਾ ਪ੍ਰਾਪਤ ਹੋ ਸਕੇ।

Continue Reading

Latest News

Trending