Connect with us

Punjab

ਮੋਗਾ ਗੋਲੀਕਾਂਡ ਮਾਮਲੇ ਵਿੱਚ ਮ੍ਰਿਤਕਾਂ ਦੇ ਪਰਿਵਾਰਾਂ ਵੱਲੋਂ ਸਸਕਾਰ ਕਰਨ ਤੋਂ ਇਨਕਾਰ, ਪ੍ਰਸ਼ਾਸਨ ਤੇ ਜਬਰੀ ਪੋਸਟਮਾਰਟਮ ਕਰਵਾਉਣ ਦੇ ਦੋਸ਼ ਲਗਾਏ

Published

on

ਮੋਗਾ, 27 ਅਕਤੂਬਰ (ਸ.ਬ.) ਮੋਗਾ ਦੇ ਅੰਗਦਪੁਰਾ ਮੁਹੱਲੇ ਵਿੱਚ ਐਤਵਾਰ ਦੇਰ ਸ਼ਾਮ ਹੋਏ ਗੋਲੀਕਾਂਡ ਵਿੱਚ ਮਾਰੇ ਗਏ ਦੋ ਨੌਜਵਾਨਾਂ ਦੇ ਪਰਿਵਾਰਾਂ ਨੇ ਅੱਜ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ। ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਅਤੇ ਸਰਕਾਰ ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਹੀ ਜਬਰੀ ਪੋਸਟਮਾਰਟਮ ਕਰਵਾਇਆ ਗਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ ਅਤੇ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਉਹ ਮ੍ਰਿਤਕਾਂ ਦਾ ਸਸਕਾਰ ਨਹੀਂ ਕਰਨਗੇ। ਇਸ ਦੌਰਾਨ ਪਰਿਵਾਰਕ ਮੈਂਬਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਜ਼ਾਹਰ ਕੀਤਾ। ਮੌਕੇ ਤੇ ਤਣਾਅਪੂਰਨ ਮਾਹੌਲ ਬਣਿਆ ਹੋਇਆ ਹੈ।

ਪਰਿਵਾਰਾਂ ਦਾ ਦੋਸ਼ ਹੈ ਕਿ ਪੁਲੀਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਇਨਸਾਫ਼ ਦਿਵਾਉਣ ਦੀ ਬਜਾਏ ਮਾਮਲੇ ਨੂੰ ਠੰਢਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਤੱਕ ਮੁਲਜ਼ਮਾਂ ਖ਼ਿਲਾਫ਼ ਠੋਸ ਕਾਰਵਾਈ ਨਹੀਂ ਹੁੰਦੀ, ਉਦੋਂ ਤੱਕ ਉਹ ਸਸਕਾਰ ਕਿਵੇਂ ਕਰ ਸਕਦੇ ਹਨ। ਪਰਿਵਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਪੋਸਟਮਾਰਟਮ ਕਰਵਾ ਕੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ।

ਪਰਿਵਾਰਾਂ ਦੇ ਵਿਰੋਧ ਦੌਰਾਨ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰ ਵੀ ਮੌਕੇ ਤੇ ਮੌਜੂਦ ਰਹੇ। ਹਾਲਾਂਕਿ, ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਖ਼ਿਲਾਫ਼ ਵੀ ਨਾਅਰੇਬਾਜ਼ੀ ਕੀਤੀ ਅਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ।

ਪਰਿਵਾਰ ਆਪਣੀਆਂ ਮੰਗਾਂ ਤੇ ਅੜੇ ਹੋਏ ਹਨ। ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਮਨਾਉਣ ਅਤੇ ਸਸਕਾਰ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਖ਼ਬਰ ਲਿਖੇ ਜਾਣ ਤੱਕ ਸਥਿਤੀ ਤਣਾਅਪੂਰਨ ਬਣੀ ਹੋਈ ਸੀ। ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਵਿਰੋਧੀ ਪਾਰਟੀਆਂ ਦੇ ਆਗੂ ਵੀ ਮੌਕੇ ਤੇ ਪਹੁੰਚਣ ਲੱਗ ਪਏ।

Continue Reading

Punjab

ਸ੍ਰੀ ਹਰਿਮੰਦਰ ਸਾਹਿਬ ਵਿਖੇ ਧੂਮਧਾਮ ਨਾਲ ਮਨਾਇਆ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

Published

on

By

ਅੰਮ੍ਰਿਤਸਰ, 27 ਅਕਤੂਬਰ (ਸ.ਬ.) ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ 492 ਵਾਂ ਪ੍ਰਕਾਸ਼ ਪੁਰਬ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਹੁਤ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਦੇਸ਼ ਵਿਦੇਸ਼ਾਂ ਤੋਂ ਲੱਖਾਂ ਦੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਪਾਵਨ ਸਰੋਵਰ ਵਿੱਚ ਇਸ਼ਨਾਨ ਕੀਤਾ ਅਤੇ 4-5 ਘੰਟੇ ਕਤਾਰਾਂ ਵਿੱਚ ਲੱਗ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਲਿਆ।

ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਅੱਜ ਸਵੇਰੇ ਗੁਰੂਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਪਰਸੋਂ ਤੋਂ ਆਰੰਭੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ਦੇਰ ਸ਼ਾਮ ਤਕ ਧਾਰਮਿਕ ਦੀਵਾਨ ਸਜਾਏ ਗਏ, ਜਿਨ੍ਹਾਂ ਵਿਚ ਪੰਥ ਦੇ ਪ੍ਰਸਿੱਧ ਰਾਗੀ ਢਾਡੀ ਅਤੇ ਕਵੀਸ਼ਰੀ ਜੱਥਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ।

ਬਾਅਦ ਵਿੱਚ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰੂਦੁਆਰਾ ਬਾਬਾ ਅੱਟਲ ਰਾਏ ਸਾਹਿਬ ਵਿਖੇ ਜਲੌਅ ਸਾਹਿਬ ਸਜਾਏ ਜਾਣਗੇ, ਜਿਨ੍ਹਾਂ ਵਿੱਚ ਗੁਰੂ ਸਾਹਿਬਾਨ ਨਾਲ ਸਬੰਧਿਤ ਇਤਿਹਾਸਕ ਤੇ ਬੇਸ਼ਕੀਮਤੀ ਵਸਤਾਂ ਜਿਵੇਂ ਸੋਨੇ ਦੇ ਦਰਵਾਜੇ, ਚਾਂਦੀ ਦੇ ਕਹੀ ਤੇ ਬਾਟੇ, ਸੋਨੇ ਤੇ ਹੀਰੇ ਜੜੇ ਜਵਾਹਰਾਤ ਦੇ ਜਲੌਅ ਸਵੇਰੇ 9 ਵਜੇ ਤੋਂ 12 ਵਜੇ ਤਕ ਸੰਗਤਾਂ ਦੇ ਦਰਸ਼ਨਾਂ ਲਈ ਸਜਾਏ ਜਾਣਗੇ। ਸ਼੍ਰੋਮਣੀ ਕਮੇਟੀ ਵੱਲੋਂ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਵਿੱਚ ਦੇਸ਼ੀ ਤੇ ਵਿਦੇਸ਼ੀ ਫੁੱਲਾਂ ਦੇ ਨਾਲ ਸਜਾਵਟ ਕੀਤੀ ਹੋਈ ਹੈ। ਇਸ ਪਾਵਨ ਦਿਹਾੜੇ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।

ਸ਼ਾਮ ਵੇਲੇ ਸ੍ਰੀ ਦਰਬਾਰ ਸਾਹਿਬ ਵਿਖੇ ਅਤਿ ਸੁੰਦਰ ਦੀਪਮਾਲਾ ਅਤੇ ਆਤਿਸ਼ਬਾਜੀ ਵੀ ਕੀਤੀ ਜਾਵੇਗੀ। ਉੱਥੇ ਹੀ ਸੰਗਤ ਨਾਲ ਗੱਲਬਾਤ ਕੀਤੀ ਸੰਗਤ ਨੇ ਕਿਹਾ ਕਿ ਕਿ ਅੱਜ ਚੌਥੇ ਪਾਤਸ਼ਾਹੀ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਹੈ ਤੇ ਅੱਜ ਦੇ ਦਿਨ ਉਹ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਆਪਣੇ ਆਪ ਨੂੰ ਭਾਗਾਂ ਵਾਲੇ ਸਮਝ ਰਹੇ ਹਾਂ ਸੰਗਤ ਵੱਲੋਂ ਪਵਿੱਤਰ ਸਰੋਵਰ ਦੇ ਵਿੱਚ ਇਸ਼ਨਾਨ ਵੀ ਕੀਤਾ ਜਾ ਰਿਹਾ।

Continue Reading

Punjab

ਆਪ ਆਗੂ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ, ਸਾਥੀ ਗੰਭੀਰ ਜ਼ਖ਼ਮੀ

Published

on

By

ਅੰਮ੍ਰਿਤਸਰ, 27 ਅਕਤੂਬਰ (ਸ.ਬ.) ਅੰਮ੍ਰਿਤਸਰ ਦਿਹਾਤੀ ਪੁਲੀਸ ਅਧੀਨ ਪੈਂਦੇ ਥਾਣਾ ਚਾਟੀਵਿੰਡ ਦੇ ਪਿੰਡ ਝੀਤੇ ਕਲਾਂ ਵਿੱਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਆਮ ਆਦਮੀ ਪਾਰਟੀ (ਆਪ) ਦੇ ਆਗੂ ਕਾਰਜ ਸਿੰਘ ਦੇ ਭਰਾ ਤੀਰਥ ਸਿੰਘ ਦਾ ਗੁਰਦੁਆਰਾ ਸਾਹਿਬ ਨੇੜੇ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤ ਗਿਆ। ਇਸ ਹਮਲੇ ਦੌਰਾਨ ਉਸ ਦਾ ਦੋਸਤ ਰਣਜੀਤ ਸਿੰਘ ਵੀ ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ। ਪੁਲੀਸ ਅਨੁਸਾਰ ਇਹ ਖ਼ੂਨੀ ਵਾਰਦਾਤ ਬੀਤੀ ਰਾਤ ਉਸ ਸਮੇਂ ਵਾਪਰੀ ਜਦੋਂ ਤੀਰਥ ਸਿੰਘ ਅਤੇ ਉਸ ਦਾ ਦੋਸਤ ਰਣਜੀਤ ਸਿੰਘ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਪਰਤ ਰਹੇ ਸਨ। ਧਾਰਮਿਕ ਅਸਥਾਨ ਨੇੜੇ ਹਮਲਾਵਰਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਅੰਨ੍ਹੇਵਾਹ 7 ਤੋਂ 8 ਰਾਊਂਡ ਫ਼ਾਇਰਿੰਗ ਕਰ ਦਿੱਤੀ। ਗੋਲੀਆਂ ਚਲਾਉਣ ਮਗਰੋਂ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ।

ਗੋਲੀਆਂ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋਏ ਤੀਰਥ ਸਿੰਘ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੌਰਾਨ ਜ਼ਖ਼ਮੀ ਰਣਜੀਤ ਸਿੰਘ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਪੁਲੀਸ ਨੇ ਦੱਸਿਆ ਕਿ ਮ੍ਰਿਤਕ ਦਾ ਭਰਾ ਕਾਰਜ ਸਿੰਘ ਬਲਾਕ ਸੰਮਤੀ ਮੈਂਬਰ ਹੈ ਅਤੇ ਉਸ ਦੀ ਮਾਤਾ ਪਿੰਡ ਦੀ ਆਪ ਸਰਪੰਚ ਹੈ।

ਐਸ.ਐਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਉਸੇ ਪਿੰਡ ਦੇ ਗੁਰਦਿੱਤ ਸਿੰਘ, ਹਰਕੀਰਤ ਸਿੰਘ, ਗੁਰਜੰਟ ਸਿੰਘ ਅਤੇ ਗੋਰਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਵੱਖ-ਵੱਖ ਥਾਵਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੁਲਜ਼ਮ ਗੁਰਦਿੱਤ ਸਿੰਘ ਦੀ ਕਾਰਜ ਸਿੰਘ ਅਤੇ ਉਸ ਦੇ ਪਰਿਵਾਰ ਨਾਲ ਪੁਰਾਣੀ ਦੁਸ਼ਮਣੀ ਸੀ। ਦੋਵਾਂ ਧਿਰਾਂ ਵਿਚਾਲੇ ਪਹਿਲਾਂ ਵੀ ਝੜਪਾਂ ਹੋਈਆਂ ਸਨ, ਪਰ ਪਿੰਡ ਵਾਸੀਆਂ ਨੇ ਦਖ਼ਲ ਦੇ ਕੇ ਆਪਸੀ ਰਾਜ਼ੀਨਾਵਾਂ ਕਰਵਾ ਦਿੱਤਾ ਸੀ। ਬੀਤੀ ਰਾਤ ਨੂੰ ਮੁਲਜ਼ਮਾਂ ਨੇ ਪੀੜਤਾਂ ਨੂੰ ਗੁਰਦੁਆਰਾ ਸਾਹਿਬ ਨੇੜੇ ਰੋਕ ਲਿਆ, ਜਿੱਥੇ ਪਹਿਲਾਂ ਬਹਿਸਬਾਜ਼ੀ ਹੋਈ ਅਤੇ ਫਿਰ ਗੱਲ ਹੱਥੋਪਾਈ ਤੱਕ ਪਹੁੰਚ ਗਈ। ਇਸੇ ਦੌਰਾਨ ਗੁਰਦਿੱਤ ਦੇ ਬਾਕੀ ਸਾਥੀ ਵੀ ਹਥਿਆਰਾਂ ਸਮੇਤ ਪਹੁੰਚ ਗਏ ਅਤੇ ਉਨ੍ਹਾਂ ਤੀਰਥ ਸਿੰਘ ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਥਾਣਾ ਚਾਟੀਵਿੰਡ ਦੀ ਪੁਲੀਸ ਨੇ ਚਾਰਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Continue Reading

Mohali

ਮੁਹਾਲੀ ਵਿੱਚ ਭਖਣ ਲੱਗੀਆਂ ਚੋਣ ਸਰਗਰਮੀਆਂ

Published

on

By

ਚੋਣ ਲੜਣ ਦੇ ਚਾਹਵਾਨ ਆਗੂਆਂ ਵਲੋਂ ਸਰਗਰਮੀਆਂ ਤੇਜ਼

ਭੁਪਿੰਦਰ ਸਿੰਘ

ਐਸ ਏ ਐਸ ਨਗਰ, 26 ਅਕਤੂਬਰ

ਪੰਜਾਬ ਵਿਧਾਨਸਭਾ ਚੋਣਾਂ ਨੂੰ ਭਾਵੇਂ ਕਾਫੀ ਸਮਾਂ ਪਿਆ ਹੈ ਅਤੇ ਇਹਨਾਂ ਬਾਰੇ ਰਸਮੀ ਐਲਾਨ ਵੀ ਹੋਣਾ ਹੈ ਪਰੰਤੂ ਇਸ ਦੌਰਾਨ ਹਲਕੇ ਵਿੱਚ ਚੋਣ ਲੜਣ ਦੇ ਚਾਹਵਾਨ ਆਗੂਆਂ ਵਲੋਂ ਆਪੋ ਆਪਣੀਆਂ ਸਰਗਰਮੀਆਂ ਤੇਜ ਕਰ ਦਿੱਤੀਆਂ ਗਈਆਂ ਹਨ ਅਤੇ ਸਿਆਸੀ ਆਗੂ ਲੋਕਾਂ ਨਾਲ ਸੰਪਰਕ ਕਰਕੇ ਆਪਣੀ ਦਾਅਵੇਦਾਰੀ ਮਜਬੂਤ ਕਰਨ ਵਿੱਚ ਲੱਗ ਗਏ ਹਨ।

ਇਸ ਸੰਬੰਧੀ ਗੱਲ ਕਰੀਏ ਤਾਂ ਪਿਛਲੀ ਵਾਰ ਮੁਹਾਲੀ ਹਲਕੇ ਤੋਂ ਚੋਣ ਜਿੱਤਣ ਵਾਲੇ ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਵਲੋਂ ਪਿਛਲੇ ਸਮੇਂ ਦੌਰਾਨ ਆਪਣੀਆਂ ਸਰਗਰਮੀਆਂ ਵਧਾ ਦਿੱਤੀਆਂ ਗਈਆਂ ਹਨ। ਕੁੱਝ ਸਮਾਂ ਪਹਿਲਾਂ ਹੋਈਆਂ ਨਗਰ ਨਿਗਮ ਚੋਣਾਂ ਦੌਰਾਨ ਬਹੁਮਤ ਹਾਸਿਲ ਕਰਕੇ ਅਤੇ ਆਪਣੇ ਪੁੱਤਰ ਸਰਬਜੀਤ ਸਿੰਘ ਸਮਾਣਾ ਨੂੰ ਨਗਰ ਨਿਗਮ ਦੇ ਮੇਅਰ ਦੀ ਚੋਣ ਜਿਤਵਾ ਕੇ ਉਹਨਾਂ ਦਾ ਹੌਂਸਲਾ ਪਹਿਲਾਂ ਹੀ ਕਾਫੀ ਵਧਿਆ ਹੋਇਆ ਹੈ ਅਤੇ ਪੰਜਾਬ ਦੀ ਸੱਤਾਧਾਰੀ ਧਿਰ ਨਾਲ ਸੰਬੰਧਿਤ ਹੋਣ ਕਾਰਨ ਉਹਨਾਂ ਕੋਲ ਲੋਕਾਂ ਵਿੱਚ ਜਾਣ ਦੇ ਮੌਕੇ ਵੀ ਜਿਆਦਾ ਹਨ। ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਮੁਹਾਲੀ ਹਲਕੇ ਵਿੱਚ ਕਾਫੀ ਹੁੰਗਾਰਾ ਮਿਲਿਆ ਹੈ ਅਤੇ ਰੋਜਾਨਾ ਹੀ ਦੋ ਤਿੰਨ ਬਸਾਂ ਧਾਰਮਿਕ ਯਾਤਰਾ ਲਈ ਰਵਾਨਾ ਹੋ ਰਹੀਆਂ ਹਨ। ਇਸਦੇ ਨਾਲ ਹੀ ਪਿੰਡਾਂ ਦੇ ਵਸਨੀਕਾਂ ਨੂੰ ਮੇਰਾ ਘਰ ਮੇਰੇ ਨਾਮ ਯੋਜਨਾ ਤਹਿਤ ਪ੍ਰਾਪਰਟੀ ਕਾਰਡ ਵੀ ਵੰਡੇ ਜਾ ਰਹੇ ਹਨ ਅਤੇ ਹਲਕਾ ਵਿਧਾਇਕ ਇਸ ਵੇਲੇ ਪੂਰੀ ਤਰ੍ਹਾਂ ਸਰਗਰਮ ਦਿਖਦੇ ਹਨ।

ਪਿਛਲੀ ਵਾਰ ਹੋਈ ਚੋਣ ਦੌਰਾਨ ਦੂਜੇ ਨੰਬਰ ਤੇ ਰਹੀ ਕਾਂਗਰਸ ਦੇ ਉਮੀਦਵਾਰ ਅਤੇ ਪੰਜਾਬ ਦੇ ਸਾਬਕਾ ਮੰਤਰੀ ਸz. ਬਲਬੀਰ ਸਿੰਘ ਸਿੱਧੂ ਵੀ ਇਸ ਵੇਲੇ ਇਲੈਕਸ਼ਨ ਮੋਡ ਵਿੱਚ ਆ ਚੁੱਕੇ ਹਨ ਅਤੇ ਉਹਨਾਂ ਵਲੋਂ ਆਏ ਦਿਨ ਕੋਈ ਨਾ ਕੋਈ ਪ੍ਰੋਗਰਾਮ ਆਯੋਜਿਤ ਕਰਕੇ ਆਪਣੀਆਂ ਸਿਆਸੀ ਸਰਕਗਰਮੀਆਂ ਚਲਾਈਆਂ ਜਾ ਰਹੀਆਂ ਹਨ। ਇਸ ਦੌਰਾਨ ਪਾਰਟੀ ਵਲੋਂ ਸਰਕਾਰ ਦੇ ਖਿਲਾਫ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਹੋਣ ਜਾਂ ਫਿਰ ਹਲਕੇ ਦੇ ਪੱਧਰ ਤੇ ਕੀਤੇ ਜਾਣ ਵਾਲੇ ਸਿਆਸੀ ਸਮਾਗਮ ਉਹਨਾਂ ਵਲੋਂ ਵੀ ਆਪਣੀਆਂ ਸਰਗਰਮੀਆਂ ਤੇਜ ਕਰ ਦਿੱਤੀਆਂ ਗਈਆਂ ਹਨ।

ਪਿਛਲੀ ਵਾਰ ਚੋਣ ਲੜਣ ਵਾਲੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦੀ ਗੱਲ ਕਰੀਏ ਤਾਂ ਭਾਜਪਾ ਦੀ ਟਿਕਟ ਤੇ ਚੋਣ ਲੜੇ ਸ੍ਰੀ ਸੰਜੀਵ ਵਸ਼ਿਸ਼ਠ ਵੀ ਪੂਰੀ ਤਰ੍ਹਾਂ ਸਰਗਰਮ ਹਨ ਅਤੇ ਉਹਨਾਂ ਵਲੋਂ ਵੀ ਪਾਰਟੀ ਦੀਆਂ ਸਰਗਰਮੀਆਂ ਨੂੰ ਕਾਫੀ ਤੇਜ ਕੀਤਾ ਜਾ ਚੁੱਕਿਆ ਹੈ। ਸ੍ਰੀ ਵਸ਼ਿਸ਼ਠ ਪਾਰਟੀ ਦੀ ਜਿਲ੍ਹਾ ਇਕਾਈ ਦੇ ਵੀ ਪ੍ਰਧਾਨ ਹਨ ਅਤੇ ਉਹਨਾਂ ਵਲੋਂ ਪਾਰਟੀ ਦੇ ਵੱਖ ਵੱਖ ਪ੍ਰੋਗਰਾਮਾਂ ਦੌਰਾਨ ਵੀ ਪੂਰੀ ਸਰਗਰਮੀ ਵਿਖਾਈ ਜਾ ਰਹੀ ਹੈ। ਇਸਦੇ ਇਲਾਵਾ ਉਹ ਸੋਸ਼ਲ ਮੀਡੀਆ ਤੇ ਵੀ ਪੂਰੇ ਸਰਗਰਮ ਹਨ ਅਤੇ ਮੁਹਾਲੀ ਹਲਕੇ ਨਾਲ ਸੰਬੰਧਿਤ ਵੱਖ ਵੱਖ ਮੁੱਦਿਆਂ ਬਾਰੇ ਆਵਾਜ ਚੁੱਕਦੇ ਰਹਿੰਦੇ ਹਨ।

ਪਿਛਲੀ ਵਾਰ ਹੋਈ ਚੋਣ ਦੌਰਾਨ ਚੌਥੇ ਨੰਬਰ ਤੇ ਰਹੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਸz. ਪਰਵਿੰਦਰ ਸਿੰਘ ਸੋਹਾਣਾ ਵੀ ਪਿਛਲੇ ਕਾਫੀ ਸਮੇਂ ਤੋਂ ਇਲੈਕਸ਼ਨ ਮੋਡ ਵਿੱਚ ਹੀ ਚਲ ਰਹੇ ਹਨ ਅਤੇ ਉਹਨਾਂ ਵਲੋਂ ਵੀ ਆਪਣੀਆਂ ਸਿਆਸੀ ਸਰਗਰਮੀਆਂ ਤੇਜ ਕੀਤੀਆਂ ਜਾ ਚੁੱਕੀਆਂ ਹਨ।

ਹਾਲਾਂਕਿ ਹੁਣੇ ਇਹ ਤੈਅ ਨਹੀਂ ਹੋਇਆ ਹੈ ਕਿ ਇਹਨਾਂ ਪਾਰਟੀਆਂ ਵਲੋਂ ਪਿਛਲੀ ਵਾਰ ਚੋਣ ਲੜਣ ਵਾਲੇ ਇਹਨਾਂ ਉਮੀਦਵਾਰਾਂ ਨੂੰ ਹੀ ਪਾਰਟੀ ਟਿਕਟ ਤੇ ਚੋਣ ਲੜਾਈ ਜਾਵੇਗੀ ਜਾਂ ਫਿਰ ਨਵੇਂ ਚਿਹਰਿਆਂ ਨੂੰ ਮੌਕਾ ਦਿੱਤਾ ਜਾਵੇਗਾ। ਇਸ ਦੌਰਾਨ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਚੋਣ ਸਮਝੌਤਾ ਹੋਣ ਦੀਆਂ ਕਿਆਸ ਅਰਾਈਆਂ ਵੀ ਜਾਰੀ ਹਨ ਅਤੇ ਕਾਂਰਗਸ ਪਾਰਟੀ ਦੇ ਕੁੱਝ ਆਗੂ ਵੀ ਇਸ ਵਾਰ ਚੋਣਾਂ ਦੌਰਾਨ ਆਪਣੀ ਕਿਸਮਤ ਅਜਮਾਉਣ ਲਈ ਆਪਣੀ ਦਾਅਵੇਦਾਰੀ ਪੇਸ਼ ਕਰਦੇ ਦਿਖ ਰਹੇ ਹਨ।

ਨਗਰ ਨਿਗਮ ਦੇ ਡਿਪਟੀ ਮੇਅਰ ਸz. ਕੁਲਜੀਤ ਸਿੰਘ ਬੇਦੀ ਪਿਛਲੇ ਕਾਫੀ ਸਮੇਂ ਤੋਂ ਹਲਕੇ ਵਿੱਚ ਸੰਭਾਵੀ ਉਮੀਦਵਾਰ ਵਜੋਂ ਵਿਚਰ ਰਹੇ ਹਨ ਅਤੇ ਉਹਨਾਂ ਵਲੋਂ ਸਿੱਧੂ ਖੇਮੇ ਨੂੰ ਤਕੜੀ ਟੱਕਰ ਦਿੱਤੀ ਜਾ ਰਹੀ ਹੈ। ਇਸਦੇ ਨਾਲ ਹੀ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਜਿਲ੍ਹਾ ਪ੍ਰਧਾਨ ਪਹਿਲਵਾਨ ਅਮਰਜੀਤ ਸਿੰਘ ਵੀ ਪਾਰਟੀ ਟਿਕਟ ਲਈ ਦਾਅਵੇਦਾਰੀ ਪੇਸ਼ ਕਰਦੇ ਦਿਖ ਰਹੇ ਹਨ। ਇਸ ਤਰ੍ਹਾਂ ਕਾਂਗਰਸੀ ਆਗੂ ਅਤੇ ਨਗਰ ਨਿਗਮ ਦੇ ਕੌਂਸਲਰ ਨਰਪਿੰਦਰ ਸਿੰਘ ਰੰਗੀ ਵੀ ਪਾਰਟੀ ਟਿਕਟ ਦੀ ਦੌੜ ਵਿੱਚ ਹਨ।

ਪਿਛਲੀ ਵਾਰ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੀਆਂ ਦੋ ਸੀਟਾਂ ਜਿੱਤਣ ਵਾਲੀ ਵਾਰਿਸ ਪੰਜਾਬ ਦੇ ਜੱਥੇਬੰਦੀ ਦੀ ਟਿਕਟ ਤੇ ਚੋਣ ਲੜਣ ਦ ਚਾਹਵਾਨ ਕਈ ਆਗੂ ਵੀ ਆਪੋ ਆਪਣੀਆਂ ਸਰਗਰਮੀਆਂ ਚਲਾ ਰਹੇ ਹਨ ਅਤੇ ਇਹਨਾਂ ਵਲੋਂ ਹਲਕੇ ਵਿੱਚ ਪੋਸਟਰ ਆਦਿ ਵੀ ਲੱਗੇ ਦਿਖਦੇ ਹਨ। ਇਸੇ ਤਰ੍ਹਾਂ ਨਗਰ ਨਿਗਮ ਦੇ ਆਜਾਦ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਵੀ ਇਸ ਵਾਰ ਹਲਕੇ ਤੋਂ ਚੋਣ ਲੜਣ ਲਈ ਸਿਆਸੀ ਸਰਗਰਮੀਆਂ ਚਲਾ ਰਹੇ ਹਨ।

ਪੰਜਾਬ ਵਿਧਾਨਸਭਾ ਦੀਆਂ ਅਗਲੀਆਂ ਚੋਣਾਂ ਵਾਸਤੇ ਆਉਂਦੇ ਦਿਨਾਂ ਵਿੱਚ ਮੁੱਖ ਚੋਣ ਕਮਿਸ਼ਨਰ ਦਾ ਦੌਰਾ ਹੋਣ ਜਾ ਰਿਹਾ ਹੈ ਜਿਸ ਦੌਰਾਨ ਉਹਨਾਂ ਵਲੋਂ ਪੰਜਾਬ ਵਿੱਚ ਵਿਧਾਨਸਭਾ ਚੋਣਾ ਦੀਆਂ ਤਿਆਰੀਆਂ ਦਾ ਜਾਇਜਾ ਲਿਆ ਜਾਣਾ ਹੈ ਅਤੇ ਉਸਤੋਂ ਬਾਅਦ ਚੋਣਾਂ ਦੀਆਂ ਤਿਆਰੀਆਂ ਦੇ ਆਧਾਰ ਤੇ ਚੋਣਾਂ ਸੰਬੰਧੀ ਅਗਲਾ ਫੈਸਲਾ ਹੋਣਾ ਹੈ।

ਆਉਣ ਵਾਲੇ ਦਿਨਾਂ ਦੌਰਾਨ ਚੋਣ ਸਰਗਰਮੀਆਂ ਨੇ ਹੋਰ ਤੇਜੀ ਫੜਣੀ ਹੈ ਉੱਥੇ ਚੋਣ ਲੜਣ ਦੇ ਚਾਹਵਾਨਾਂ ਦੀ ਗਿਦਤੀ ਵੀ ਖੁੱਲ ਕੇ ਸਾਮ੍ਹਣੇ ਆ ਜਾਣੀ ਹੈ।

Continue Reading

Latest News

Trending