Connect with us

Mohali

ਸਫ਼ਾਈ ਕਰਮਚਾਰੀਆਂ ਦਾ ਧਰਨਾ 21ਵੇਂ ਦਿਨ ਵੀ ਜਾਰੀ, ਕਮਿਸ਼ਨਰ ਨਾਲ ਮੀਟਿੰਗ ਬੇਨਤੀਜਾ

Published

on

ਐਸ ਏ ਐਸ ਨਗਰ, 28 ਅਕਤੂਬਰ (ਸ.ਬ.) ਪੰਜਾਬ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਬੈਨਰ ਹੇਠ ਜਨਤਕ ਪਖਾਨਿਆਂ ਦੀ ਸਫ਼ਾਈ ਕਰਨ ਵਾਲੇ ਕਰਮਚਾਰੀਆਂ ਦਾ ਧਰਨਾ ਅੱਜ 21ਵੇਂ ਦਿਨ ਵੀ ਜਾਰੀ ਰਿਹਾ। ਆਪਣੀਆਂ ਮੰਗਾਂ ਨੂੰ ਲੈ ਕੇ ਯੂਨੀਅਨ ਦੇ ਮੀਤ ਪ੍ਰਧਾਨ ਸ਼ਿਵ ਕੁਮਾਰ ਦੀ ਅਗਵਾਈ ਹੇਠ ਕਰਮਚਾਰੀਆਂ ਦੇ ਵਫ਼ਦ ਨੇ ਨਗਰ ਨਿਗਮ ਮੁਹਾਲੀ ਦੇ ਕਮਿਸ਼ਨਰ ਨਾਲ ਮੀਟਿੰਗ ਕੀਤੀ। ਇਸ ਮੌਕੇ ਡੀਐਸਪੀ ਸਿਟੀ-2 ਹਰਸਿਮਰਨ ਸਿੰਘ ਬੱਲ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

ਮੀਟਿੰਗ ਦੌਰਾਨ ਯੂਨੀਅਨ ਦੇ ਆਗੂਆਂ ਨੇ ਕਮਿਸ਼ਨਰ ਨੂੰ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਦੇ ਜਲਦੀ ਹੱਲ ਦੀ ਮੰਗ ਕੀਤੀ। ਇਸ ਤੇ ਕਮਿਸ਼ਨਰ ਨੇ ਭਰੋਸਾ ਦਿੱਤਾ ਕਿ ਕਰਮਚਾਰੀਆਂ ਦੀਆਂ ਮੰਗਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਲਈ ਕਾਰਵਾਈ ਕੀਤੀ ਜਾਵੇਗੀ। ਹਾਲਾਂਕਿ, ਮੀਟਿੰਗ ਵਿੱਚ ਸਾਰੇ ਸਬੰਧਤ ਪੱਖਾਂ ਦੀ ਗੈਰ-ਮੌਜੂਦਗੀ ਕਾਰਨ ਮੰਗਾਂ ਸਬੰਧੀ ਕੋਈ ਅੰਤਿਮ ਫ਼ੈਸਲਾ ਨਹੀਂ ਹੋ ਸਕਿਆ।

ਯੂਨੀਅਨ ਦੇ ਆਗੂਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਕਰਮਚਾਰੀਆਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਧਰਨਾ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਕਰਮਚਾਰੀ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਅਤੇ ਹੁਣ ਉਨ੍ਹਾਂ ਨੂੰ ਸਿਰਫ਼ ਭਰੋਸੇ ਦੀ ਬਜਾਏ ਠੋਸ ਕਾਰਵਾਈ ਦੀ ਉਡੀਕ ਹੈ। ਮੰਗਾਂ ਦਾ ਹੱਲ ਹੋਣ ਤੱਕ ਅੰਦੋਲਨ ਵਾਪਸ ਨਹੀਂ ਲਿਆ ਜਾਵੇਗਾ।

Continue Reading

Mohali

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਦੋ ਵੀਜਾ ਸਲਾਹਕਾਰ ਫਰਮਾਂ ਦੇ ਲਾਈਸੰਸ ਰੱਦ

Published

on

By

ਯੂਨਿਟੀ ਵੀਜ਼ਾ ਸਰਵਿਸਿਜ ਅਤੇ ਐਂਪਾਇਰ ਵੀਜ਼ਾ ਕੰਸਲਟੈਂਟਸ ਪ੍ਰਾਈਵੇਟ ਲਿਮਟਿਡ ਦੇ ਖਿਲਾਫ ਹੋਈ ਕਾਰਵਾਈ

ਐਸ ਏ ਐਸ ਨਗਰ, 28 ਅਕਤੂਬਰ (ਸ.ਬ.) ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਦੋ ਵੀਜਾ ਸਲਾਹਕਾਰ ਫਰਮਾਂ ਦੇ ਲਾਈਸੰਸ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹਨਾਂ ਹੁਕਮਾਂ ਤਹਿਤ ਯੂਨਿਟੀ ਵੀਜ਼ਾ ਸਰਵਿਸਿਜ ਅਤੇ ਐਂਪਾਇਰ ਵੀਜ਼ਾ ਕੰਸਲਟੈਂਟਸ ਪ੍ਰਾਈਵੇਟ ਲਿਮਟਿਡ ਦੇ ਖਿਲਾਫ ਹੋਈ ਕਾਰਵਾਈ ਕੀਤੀ ਗਈ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯੂਨਿਟੀ ਵੀਜ਼ਾ ਸਰਵਿਸਿਜ ਫਰਮ ਐਸ. ਸੀ. ਓ. ਨੰ: 546 ਦੂਜੀ ਮੰਜ਼ਿਲ, ਸੈਕਟਰ-70, ਮੁਹਾਲੀ ਦੇ ਮਾਲਕ ਗੁਰਵਿੰਦਰ ਸਿੰਘ ਵਾਸੀ ਪਿੰਡ ਤੇ ਡਾਕਘਰ ਗੰਢੂਆਂ, ਤਹਿਸੀਲ ਸੁਨਾਮ, ਜ਼ਿਲ੍ਹਾ ਸੰਗਰੂਰ ਮੌਜੂਦਾ ਵਸਨੀਕ ਟਾਵਰ 4, ਬਲਾਕ ਸੀ, ਪੂਰਵ ਪ੍ਰੀਮੀਅਮ ਅਪਾਰਟਮੈਂਟਸ, ਸੈਕਟਰ 88, ਮੁਹਾਲੀ ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮਾਂ ਲਈ ਲਾਇਸੰਸ ਨੰਬਰ 733/ਆਈ.ਸੀ. ਮਿਤੀ 18.11.2024 ਨੂੰ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 17.11.2029 ਤੱਕ ਹੈ।

ਉਨ੍ਹਾਂ ਦੱਸਿਆ ਕਿ ਸਬੰਧਤ ਇਮਾਰਤ ਦੇ ਮਾਲਕ ਸz ਸੁਖਬੀਰ ਸਿੰਘ ਵੱਲੋਂ 25 ਸਤੰਬਰ 2026 ਨੂੰ ਬੇਨਤੀ ਕੀਤੀ ਗਈ ਸੀ ਕਿ ਉਸ ਵੱਲੋਂ ਐਸ. ਸੀ. ਓ. ਨੰਬਰ 546, ਦੂਜੀ ਮੰਜ਼ਿਲ, ਸੈਕਟਰ-70, ਮੁਹਾਲੀ ਸ੍ਰੀ ਗੁਰਵਿੰਦਰ ਸਿੰਘ ਨੂੰ ਕਿਰਾਏ ਤੇ ਦਿੱਤਾ ਗਿਆ ਸੀ, ਪਰ ਉਨ੍ਹਾਂ ਵੱਲੋਂ ਯੂਨਿਟੀ ਵੀਜ਼ਾ ਸਰਵਿਸਿਜ਼ ਦੇ ਨਾਮ ਤੇ ਚਲਾਇਆ ਜਾ ਰਿਹਾ ਕਾਰੋਬਾਰ 1 ਜੂਨ 2025 ਨੂੰ ਬੰਦ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਸਬੰਧਤ ਜਗ੍ਹਾ ਖਾਲੀ ਕਰਵਾਉਣ ਅਤੇ ਲਾਇਸੰਸ ਰੱਦ ਕਰਨ ਲਈ ਕਾਰਵਾਈ ਦੀ ਮੰਗ ਕੀਤੀ ਗਈ ਸੀ।

ਉਨ੍ਹਾਂ ਕਿਹਾ ਕਿ ਦਰਖਾਸਤ ਅਤੇ ਰਿਕਾਰਡ ਦੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਲਾਇਸੰਸ ਧਾਰਕ ਵੱਲੋਂ ਜੂਨ 2025 ਤੋਂ ਇਸ ਦਫ਼ਤਰ ਵਿੱਚ ਕੋਈ ਰਿਪੋਰਟ ਪੇਸ਼ ਨਹੀਂ ਕੀਤੀ ਗਈ ਅਤੇ ਇਮੀਗ੍ਰੇਸ਼ਨ ਸੇਵਾਵਾਂ ਨਾਲ ਸਬੰਧਤ ਕਾਰੋਬਾਰ ਬੰਦ ਹੋਣ ਬਾਰੇ ਵੀ ਕੋਈ ਸੂਚਨਾ ਨਹੀਂ ਦਿੱਤੀ ਗਈ। ਇਸ ਤੋਂ ਇਲਾਵਾ, ਲਾਇਸੰਸ ਵਿੱਚ ਦਰਜ ਮੋਬਾਈਲ ਨੰਬਰ ਵੀ ਬੰਦ ਪਾਇਆ ਗਿਆ।

ਉਕਤ ਤੱਥਾਂ ਦੇ ਸਨਮੁੱਖ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ, 2012 ਦੀ ਧਾਰਾ 6(1)(ਈ) ਤਹਿਤ ਨਿਰਧਾਰਤ ਸ਼ਰਤਾਂ ਦੀ ਪਾਲਣਾ ਨਾ ਕਰਨ ਦੇ ਮੱਦੇਨਜ਼ਰ ਯੂਨਿਟੀ ਵੀਜ਼ਾ ਲਾਇਸੰਸ ਨੰ: 733/ਆਈ.ਸੀ. ਮਿਤੀ 18.11.2024 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।

ਉਹਨਾਂ ਦੱਸਿਆ ਕਿ ਦੂਜੀ ਫਰਮ ਐਂਪਾਇਰ ਵੀਜ਼ਾ ਕੰਸਲਟੈਂਟਸ ਪ੍ਰਾਈਵੇਟ ਲਿਮਟਿਡ ਐਸ.ਸੀ.ਓ. ਨੰਬਰ 11, ਦੂਜੀ ਮੰਜ਼ਿਲ, ਗੌਰਮਿੰਟ ਕਾਲਜ ਰੋਡ ਨੇੜੇ, ਡੇਰਾਬੱਸੀ, ਜ਼ਿਲ੍ਹਾ ਐਸ. ਏ.ਐਸ. ਨਗਰ ਦੇ ਮਾਲਕ ਹਰਜੀਤ ਸਿੰਘ ਵਾਸੀ ਬੈਰ ਮਾਜਰਾ, ਡਾਕਖਾਨਾ, ਹੱਲੋਮਾਜਰਾ, ਚੰਡੀਗੜ੍ਹ ਅਤੇ ਭੁਪਿੰਦਰ ਪਾਲ ਵਾਸੀ ਬੈਹੜ, ਡਾਕਖਾਨਾ ਕੋਟ (238), ਪੰਚਕੂਲਾ, ਹਰਿਆਣਾ ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਈਲੈਟਸ ਦੇ ਕੰਮਾਂ ਲਈ ਲਾਇਸੰਸ ਨੰਬਰ 626/ਆਈ.ਸੀ. ਮਿਤੀ 2 ਨਵੰਬਰ 2023 ਨੂੰ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 1 ਨਵੰਬਰ 2028 ਤੱਕ ਸੀ।

ਉਹਨਾਂ ਦੱਸਿਆ ਕਿ ਉਕਤ ਫਰਮ ਦੇ ਮਾਲਕਾਂ ਵੱਲੋਂ ਇੰਮੀਗ੍ਰੇਸ਼ਨ ਐਕਟ, 1983 ਅਤੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ, 2012 ਦੀ ਧਾਰਾ 6(1)(ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਉਕਤ ਲਾਇਸੰਸ ਨੂੰ ਦਫ਼ਤਰੀ ਹੁਕਮ ਮਿਤੀ 27 ਮਾਰਚ 2026 ਰਾਹੀਂ ਤਿੰਨ ਮਹੀਨਿਆਂ ਲਈ ਮੁਅੱਤਲ ਕੀਤਾ ਗਿਆ ਸੀ। ਇਸ ਦੇ ਨਾਲ ਹੀ ਕੰਪਨੀ ਦੇ ਮਾਲਕਾਂ ਨੂੰ ਆਪਣਾ ਪੱਖ ਪੇਸ਼ ਕਰਨ ਲਈ ਨੋਟਿਸ ਵੀ ਜਾਰੀ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਨੋਟਿਸ ਜਾਰੀ ਹੋਣ ਤੋਂ ਬਾਅਦ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਫਰਮ ਦੇ ਮਾਲਕਾਂ ਵੱਲੋਂ ਆਪਣਾ ਕੋਈ ਜਵਾਬ ਜਾਂ ਸਪੱਸ਼ਟੀਕਰਨ ਦਫ਼ਤਰ ਵਿੱਚ ਪੇਸ਼ ਨਹੀਂ ਕੀਤਾ ਗਿਆ। ਇਸ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਸਬੰਧਤ ਕਾਨੂੰਨੀ ਉਪਬੰਧਾਂ ਦੀ ਉਲੰਘਣਾ ਦੇ ਮੱਦੇਨਜ਼ਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ, 2012 ਦੀ ਧਾਰਾ 6(1)(ਈ) ਦੇ ਉਪਬੰਧਾਂ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਫਰਮ ਐਂਪਾਇਰ ਵੀਜ਼ਾ ਕੰਸਲਟੈਂਟਸ ਪ੍ਰਾਈਵੇਟ ਲਿਮਟਿਡ ਨੂੰ ਜਾਰੀ ਲਾਇਸੰਸ ਨੰਬਰ 626/ ਆਈ.ਸੀ. ਮਿਤੀ 2 ਨਵੰਬਰ 2023 ਨੂੰ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤਾ ਗਿਆ ਹੈ।

ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਐਕਟ/ਰੂਲਾਂ ਵਿੱਚ ਦਰਸਾਏ ਅਨੁਸਾਰ ਉਕਤ ਪ੍ਰਾਰਥੀਆਂ/ਫਰਮ/ਫਰਮ ਦੇ ਮਾਲਕਾਂ ਦੇ ਖਿਲਾਫ ਭਵਿੱਖ ਵਿੱਚ ਜੇਕਰ ਕੋਈ ਵੀ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਫਰਮਾਂ ਦੇ ਮਾਲਕ ਹਰ ਪੱਖੋਂ ਜ਼ਿੰਮੇਵਾਰ ਹੋਣਗੇ।

Continue Reading

Mohali

ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰਾਂ ਵਿੱਚ ਸਫ਼ਾਈ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ : ਏ. ਡੀ. ਸੀ ਅਨਮੋਲ ਧਾਲੀਵਾਲ

Published

on

By

ਐਸ ਏ ਐਸ ਨਗਰ, 28 ਅਕਤੂਬਰ (ਸ.ਬ.) ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ ਵੱਲੋਂ ਸਮੂਹ ਕਾਰਜ ਸਾਧਕ ਅਫ਼ਸਰਾਂ, ਚੀਫ਼ ਸੈਨੇਟਰੀ ਇੰਸਪੈਕਟਰਾਂ ਅਤੇ ਸੈਨੇਟਰੀ ਇੰਸਪੈਕਟਰਾਂ ਨੂੰ ਹਿਦਾਇਤ ਕੀਤੀ ਗਈ ਹੈ ਕਿ ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰਾਂ ਵਿੱਚ ਸਾਫ਼-ਸਫ਼ਾਈ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ।

ਇਸ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਫ਼ਾਈ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਅਧਿਕਾਰੀਆਂ ਨੂੰ 10 ਨਵੰਬਰ ਤੱਕ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਉਣ ਅਤੇ ਸ਼ਹਿਰਾਂ ਦੇ ਸਾਰੇ ਵਾਰਡਾਂ, ਬਾਜ਼ਾਰਾਂ ਤੇ ਧਾਰਮਿਕ ਸਥਾਨਾਂ ਵਿੱਚ ਸਫ਼ਾਈ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਤਿਉਹਾਰਾਂ ਦੌਰਾਨ ਲੋਕਾਂ ਦੀ ਆਵਾਜਾਈ ਵਧਣ ਦੇ ਮੱਦੇਨਜ਼ਰ ਸ਼ਹਿਰਾਂ ਦੀਆਂ ਮੁੱਖ ਸੜਕਾਂ, ਬਾਜ਼ਾਰਾਂ, ਜਨਤਕ ਥਾਵਾਂ ਅਤੇ ਭੀੜ-ਭੜੱਕੇ ਵਾਲੇ ਇਲਾਕਿਆਂ ਦੀ ਨਿਯਮਤ ਸਫ਼ਾਈ ਕਰਵਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੂੜੇ ਦੀ ਸਮੇਂ ਸਿਰ ਚੁਕਾਈ ਅਤੇ ਢੁੱਕਵੇਂ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇ, ਤਾਂ ਜੋ ਕਿਸੇ ਵੀ ਥਾਂ ਤੇ ਕੂੜੇ ਦੇ ਢੇਰ ਨਾ ਲੱਗਣ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਬਾਜ਼ਾਰਾਂ ਅਤੇ ਮੁੱਖ ਸੜਕਾਂ ਤੇ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾਵੇ ਅਤੇ ਲੋੜ ਅਨੁਸਾਰ ਸਫ਼ਾਈ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਜਾਵੇ। ਜਿੱਥੇ ਸੰਭਵ ਹੋਵੇ, ਰਾਤ 11 ਵਜੇ ਤੋਂ ਬਾਅਦ ਜਾਂ ਸਵੇਰੇ 5 ਵਜੇ ਤੋਂ ਪਹਿਲਾਂ ਸਫ਼ਾਈ ਕਰਵਾਈ ਜਾਵੇ, ਤਾਂ ਜੋ ਆਵਾਜਾਈ ਅਤੇ ਲੋਕਾਂ ਦੇ ਰੋਜ਼ਾਨਾ ਕੰਮਕਾਜ ਵਿੱਚ ਵਿਘਨ ਨਾ ਪਵੇ।

ਨਾਲੀਆਂ ਅਤੇ ਜਲ ਨਿਕਾਸੀ ਪ੍ਰਣਾਲੀ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕਰਦਿਆਂ ਉਹਨਾਂ ਕਿਹਾ ਕਿ ਪਾਣੀ ਦੀ ਨਿਕਾਸੀ ਸੁਚਾਰੂ ਬਣਾਈ ਰੱਖੀ ਜਾਵੇ। ਉਹਨਾਂ ਕਿਹਾ ਕਿ ਸਫ਼ਾਈ ਪ੍ਰਬੰਧਾਂ ਦੀ ਨਿਯਮਤ ਨਿਗਰਾਨੀ ਕੀਤੀ ਜਾਵੇ ਅਤੇ ਲੋਕਾਂ ਵੱਲੋਂ ਸਫ਼ਾਈ ਸਬੰਧੀ ਪ੍ਰਾਪਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।

ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਵਾਨਿਤ ਪਟਾਕਿਆਂ ਦੀਆਂ ਦੁਕਾਨਾਂ ਅਤੇ ਵਿਕਰੀ ਸਥਾਨਾਂ ਦੇ ਨੇੜੇ ਅੱਗ ਤੋਂ ਬਚਾਅ ਲਈ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਜਾਣ। ਇਨ੍ਹਾਂ ਥਾਵਾਂ ਤੇ ਫਾਇਰ ਬ੍ਰਿਗੇਡ ਦੀ ਸਹੂਲਤ, ਰੇਤ, ਪਾਣੀ ਅਤੇ ਹੋਰ ਲੋੜੀਂਦੇ ਸੁਰੱਖਿਆ ਸਾਧਨ ਉਪਲਬਧ ਰੱਖੇ ਜਾਣ ਅਤੇ ਸਬੰਧਤ ਵਿਭਾਗਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੀਆਂ ਜ਼ਰੂਰੀ ਸਾਵਧਾਨੀਆਂ ਵਰਤੀਆਂ ਜਾਣ।

Continue Reading

Mohali

ਬਲੌਂਗੀ ਵਿੱਚ ਵੱਡੀ ਗਿਣਤੀ ਆਪ ਸਮਰਥਕ ਹੋਏ ਭਾਜਪਾ ਵਿੱਚ ਸ਼ਾਮਲ

Published

on

By

ਬਲੌਂਗੀ, 28 ਅਕਤੂਬਰ (ਸ.ਬ.) ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਲੌਂਗੀ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਥਾਨਕ ਆਗੂ ਰੀਟਾ ਸ਼ਰਮਾ ਆਪਣੇ ਵੱਡੀ ਗਿਣਤੀ ਸਾਥੀਆਂ ਅਤੇ ਟੀਮ ਮੈਂਬਰਾਂ ਸਮੇਤ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਈ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਮੁਹਾਲੀ ਸੰਜੀਵ ਵਸ਼ਿਸ਼ਠ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਰੀਟਾ ਸ਼ਰਮਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਭਾਜਪਾ ਦੀ ਵਿਚਾਰਧਾਰਾ ਵਿੱਚ ਵਿਸ਼ਵਾਸ ਪ੍ਰਗਟ ਕਰਦਿਆਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਕੰਮ ਕਰਨ ਦਾ ਸੰਕਲਪ ਲਿਆ। ਉਹਨਾਂ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮੁਹਾਲੀ ਤੋਂ ਭਾਜਪਾ ਦੇ ਉਮੀਦਵਾਰ ਵਜੋਂ ਸੰਜੀਵ ਵਸ਼ਿਸ਼ਠ ਦੀ ਜਿੱਤ ਯਕੀਨੀ ਬਣਾਉਣ ਲਈ ਪੂਰਾ ਸਮਰਥਨ ਦੇਣ ਦਾ ਭਰੋਸਾ ਵੀ ਦਿੱਤਾ।

Continue Reading

Latest News

Trending