Connect with us

Editorial

ਭਿਖਾਰੀਆਂ ਦੀ ਲਗਾਤਾਰ ਵੱਧਦੀ ਸਮੱਸਿਆ ਤੇ ਕਾਬੂ ਕਰੇ ਪ੍ਰਸ਼ਾਸ਼ਨ

Published

on

ਪਿਛਲੇ ਸਮੇਂ ਦੌਰਾਨ ਸਾਡੇ ਸ਼ਹਿਰ ਅਤੇ ਆਸਪਾਸ ਦੇ ਖੇਤਰ ਵਿੱਚ ਭਿਖਾਰੀਆਂ ਦੀ ਗਿਣਤੀ ਵਿੱਚ ਕਾਫੀ ਜਿਆਦਾ ਵਾਧਾ ਹੋਇਆ ਹੈ ਅਤੇ ਇਹਨਾਂ ਮੰਗਤਿਆਂ ਦੀਆਂ ਟੋਲੀਆਂ ਸ਼ਹਿਰ ਵਿੱਚ ਥਾਂ ਥਾਂ ਤੇ ਘੁੰਮਦੀਆਂ ਆਮ ਦਿਖ ਜਾਂਦੀਆਂ ਹਨ। ਭੀਖ ਮੰਗਣ ਵਾਲਿਆਂ ਦੀਆਂ ਇਹ ਟੋਲੀਆਂ ਸ਼ਹਿਰ ਦੀਆਂ ਮਾਰਕੀਟਾਂ ਅਤੇ ਟ੍ਰੈਫਿਕ ਲਾਈਟਾਂ ਉੱਪਰ ਆਉਂਦੇ ਜਾਂਦੇ ਲੋਕਾਂ ਤੋਂ ਭੀਖ ਮੰਗਦੀਆਂ ਰਹਿੰਦੀਆਂ ਹਨ ਅਤੇ ਇਸ ਵੇਲੇ ਹਾਲਾਤ ਇਹ ਹਨ ਕਿ ਸ਼ਹਿਰ ਦੀਆਂ ਮਾਰਕੀਟਾਂ ਦੀਆਂ ਪਾਰਕਿੰਗਾਂ, ਟ੍ਰੈਫਿਕ ਲਾਈਟਾਂ, ਪਾਰਕਾਂ, ਧਾਰਮਿਕ ਸਥਾਨਾਂ ਅਤੇ ਇੱਥੋਂ ਤਕ ਕਿ ਲੋਕਾਂ ਦੇ ਘਰਾਂ ਦੇ ਬਾਹਰ ਤਕ ਪਹੁੰਚ ਕੇ ਭੀਖ ਮੰਗਦੇ ਇਹਨਾਂ ਮੰਗਤਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ।

ਹਾਲਾਤ ਇਹ ਹਨ ਕਿ ਜਨਤਕ ਥਾਵਾਂ ਤੇ ਫਟੇਹਾਲ ਕਪੜਿਆਂ ਅਤੇ ਗੰਦੇ ਮੰਦੇ ਚੀਥੜਿਆਂ ਵਿੱਚ ਲਿਪਟੇ ਕਿਸੇ ਛੋਟੇ ਜਿਹੇ ਬੱਚੇ ਨੂੰ ਚੁੱਕ ਕੇ ਘੁੰਮ ਰਹੀ ਕੋਈ ਪ੍ਰਵਾਸੀ ਮਹਿਲਾ ਅਤੇ ਕੁੱਝ ਵੱਡੀ ਉਮਰ ਦੇ ਭਿਖਾਰੀ ਅਚਾਨਕ ਹੀ ਤੁਹਾਡੇ ਸਾਮ੍ਹਣੇ ਆ ਕੇ ਬੜੀ ਦੀਨ ਹੀਨ ਜਿਹੀ ਸ਼ਕਲ ਬਣਾ ਕੇ ਖੜ੍ਹੇ ਹੋ ਜਾਂਦੇ ਹਨ ਅਤੇ ਭੀਖ ਮੰਗਣਾ ਸ਼ੁਰੂ ਕਰ ਦਿੰਦੇ ਹਨ। ਜਨਤਕ ਥਾਵਾਂ ਤੇ ਭੀਖ ਮੰਗਣ ਵਾਲੇ ਇਹ ਮੰਗਤੇ ਵੀ ਕਈ ਤਰ੍ਹਾਂ ਦੇ ਹਨ। ਇਨ੍ਹਾਂ ਵਿੱਚੋਂ ਕੁੱਝ ਟ੍ਰੈਫਿਕ ਲਾਈਟਾਂ ਤੇ ਰੁਕਣ ਵਾਲੀਆਂ ਗੱਡੀਆਂ ਦੇ ਸ਼ੀਸ਼ੇ ਖੜਕਾ ਕੇ ਪੇਟ ਭਰਨ ਦਾ ਵਾਸਤਾ ਦੇ ਕੇ ਭੀਖ ਮੰਗਦੇ ਹਨ ਜਦੋਂਕਿ ਕੁੱਝ ਪ੍ਰਵਾਸੀ ਔਰਤਾਂ ਛੋਟੇ ਛੋਟੇ ਬੱਚੇ ਚੁੱਕ ਕੇ ਸ਼ਹਿਰ ਦੀਆਂ ਮਾਰਕੀਟਾਂ ਅਤੇ ਟ੍ਰੈਫਿਕ ਲਾਈਟਾਂ ਤੇ ਭੀਖ ਮੰਗਦੀਆਂ ਨਜਰ ਆਉਂਦੀਆਂ ਹਨ।

ਇਹਨਾਂ ਮੰਗਤਿਆਂ ਦੇ ਕਾਰਨ ਕਈ ਵਾਰ ਸ਼ਹਿਰ ਦੀਆਂ ਵੱਖ ਵੱਖ ਟ੍ਰੈਫਿਕ ਲਾਈਟਾਂ ਤੇ ਸੜਕ ਹਾਦਸੇ ਦੀ ਨੌਬਤ ਵੀ ਆ ਜਾਂਦੀ ਹੈ। ਵੱਖ ਵੱਖ ਥਾਵਾਂ ਤੇ ਭੀਖ ਮੰਗਦੇ ਇਹ ਭਿਖਾਰੀ ਉਦੋਂ ਤੱਕ ਲੋਕਾਂ ਦੇ ਪਿੱਛੇ ਪਏ ਰਹਿੰਦੇ ਹਨ ਜਦੋਂ ਤਕ ਤੰਗ ਆ ਕੇ ਲੋਕ ਉਹਨਾਂ ਨੂੰ ਕੁੱਝ ਦੇ ਨਾ ਦੇਣ। ਇਹਨਾਂ ਮੰਗਤਿਆਂ ਦੇ ਇਸ ਤਰ੍ਹਾਂ ਅਚਾਨਕ ਲੋਕਾਂ ਦੇ ਸਾਮ੍ਹਣੇ ਆ ਜਾਣ ਤੇ ਜਿੱਥੇ ਸ਼ਹਿਰ ਵਾਸੀਆਂ ਨੂੰ ਭਾਰੀ ਪਰੇਸ਼ਾਨੀ ਸਹਿਣੀ ਪੈਂਦੀ ਹੈ ਉੱਥੇ ਹੋਰਨਾਂ ਥਾਵਾਂ ਤੋਂ ਸ਼ਹਿਰ ਵਿੱਚ ਆਉਣ ਵਾਲੇ ਲੋਕਾਂ ਉੱਪਰ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ। ਸ਼ਹਿਰ ਦੀਆਂ ਲਗਭਗ ਸਾਰੀਆਂ ਹੀ ਮਾਰਕੀਟਾਂ ਵਿੱਚ ਖਰੀਦਦਾਰੀ ਕਰਨ ਅਤੇ ਘੁੰਮਣ ਫਿਰਨ ਆਉਣ ਵਾਲੇ ਲੋਕਾਂ ਨੂੰ ਇਹ ਮੰਗਤੇ ਘੇਰ ਕੇ ਖੜ੍ਹ ਜਾਂਦੇ ਹਨ। ਇਸ ਦੌਰਾਨ ਕੁੱਝ ਲੋਕ ਇਹਨਾਂ ਉੱਪਰ ਤਰਸ ਖਾ ਕੇ ਇਹਨਾਂ ਨੂੰ ਕੁੱਝ ਨਕਦੀ ਦੇ ਦਿੰਦੇ ਹਨ ਜਾਂ ਕਿਸੇ ਦੁਕਾਨ ਤੋਂ ਖਾਣ-ਪੀਣ ਦਾ ਕੋਈ ਸਾਮਾਨ ਦਿਵਾ ਦਿੰਦੇ ਹਨ ਅਤੇ ਇਹ ਮੰਗਤੇ ਆਮ ਲੋਕਾਂ ਦੀ ਇਸੇ ਹਮਦਰਦੀ ਦਾ ਨਾਜਾਇਜ ਫਾਇਦਾ ਚੁੱਕ ਕੇ ਸਾਰਾ ਦਿਨ ਭੀਖ ਮੰਗਦੇ ਰਹਿੰਦੇ ਹਨ। ਇਹਨਾਂ ਵਿੱਚੋਂ ਕੁੱਝ ਤਾਂ ਅਜਿਹੇ ਹਨ ਜਿਹਨਾਂ ਨੇ ਸ਼ਹਿਰ ਦੀਆਂ ਮਾਰਕੀਟਾਂ ਵਿੱਚ ਜਾਂ ਸੜਕਾਂ ਕਿਨਾਰੇ ਹੀ ਖਾਲੀ ਥਾਵਾਂ ਲੱਭ ਲਈਆਂ ਹਨ ਜਿੱਥੇ ਇਹ ਰਾਤ ਕਟ ਲੈਂਦੇ ਹਨ।

ਸ਼ਹਿਰ ਵਿੱਚ ਥਾਂ ਥਾਂ ਤੇ ਡੇਰਾ ਜਮਾ ਚੁੱਕੇ ਇਹਨਾਂ ਮੰਗਤਿਆਂ ਵਲੋਂ ਆਉਂਦੇ ਜਾਂਦੇ ਲੋਕਾਂ ਤੋਂ ਭੀਖ ਮੰਗਣ ਦੀ ਇਹ ਕਾਰਵਾਈ ਕਾਨੂੰਨਨ ਜੁਰਮ ਦੇ ਦਾਇਰੇ ਹੇਠ ਆਉਂਦੀ ਹੈ ਅਤੇ ਅਜਿਹਾ ਕਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਵੀ ਭੇਜਿਆ ਜਾ ਸਕਦਾ ਹੈ ਪਰੰਤੂ ਇਸਦੇ ਬਾਵਜੂਦ ਸਾਡੇ ਸ਼ਹਿਰ ਵਿੱਚ ਵਿੱਚ ਹਰ ਪਾਸੇ ਨਜਰ ਆਉਂਦੀ ਮੰਗਤਿਆਂ ਦੀ ਇਹ ਕਤਾਰ ਸਾਬਿਤ ਕਰਦੀ ਹੈ ਕਿ ਸਥਾਨਕ ਪ੍ਰਸ਼ਾਸ਼ਨ ਵਲੋਂ ਇਹਨਾਂ ਮੰਗਤਿਆਂ ਦੀ ਇਸ ਕਾਰਵਾਈ ਨੂੰ ਪੂਰੀ ਤਰ੍ਹਾਂ ਨਜਰਅੰਦਾਜ ਕਰ ਦਿੱਤਾ ਜਾਂਦਾ ਹੈ। ਇਸ ਪੱਖੋਂ ਚੰਡੀਗੜ੍ਹ ਪੁਲੀਸ ਵਲੋਂ ਉੱਥੇ ਘੁੰਮਣ ਵਾਲੇ ਭਿਖਾਰੀਆਂ ਨੂੰ ਕਾਬੂ ਕਰਕੇ ਉਹਨਾਂ ਨੂੰ ਜੇਲ੍ਹ ਭੇਜ ਦਿੱਤਾ ਜਾਂਦਾ ਹੈ ਅਤੇ ਸ਼ਾਇਦ ਇਹੀ ਕਾਰਨ ਹੈ ਕਿ ਪਹਿਲਾਂ ਚੰਡੀਗੜ੍ਹ ਵਿੱਚ ਰਹਿਣ ਵਾਲੇ ਜਿਆਦਾਤਰ ਭਿਖਾਰੀ ਵੀ ਹੁਣ ਸਾਡੇ ਸ਼ਹਿਰ ਵਿੱਚ ਸਰਗਰਮ ਦਿਖਦੇ ਹਨ।

ਸਾਡੇ ਸ਼ਹਿਰ ਅਤੇ ਇਸਦੇ ਆਸਪਾਸ ਲਗਾਤਾਰ ਵੱਧਦੀ ਮੰਗਤਿਆਂ ਦੀ ਇਸ ਸਮੱਸਿਆ ਦੇ ਹਲ ਲਈ ਜਰੂਰੀ ਹੈ ਕਿ ਇਹਨਾਂ ਮੰਗਤਿਆਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਇਹਨਾਂ ਨੂੰ ਇਸ ਕੰਮ ਤੋਂ ਹਟਾਇਆ ਜਾਵੇ। ਸਥਾਨਕ ਪ੍ਰਸ਼ਾਸ਼ਨ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਉਹ ਸ਼ਹਿਰ ਵਿੱਚ ਲਗਾਤਾਰ ਵੱਧਦੀ ਮੰਗਤਿਆਂ ਦੀ ਇਸ ਸਮੱਸਿਆ ਤੇ ਕਾਬੂ ਕਰਨ ਲਈ ਤੁਰੰਤ ਲੋੜੀਂਦੇ ਕਦਮ ਚੁੱਕੇ। ਇਸਦੇ ਤਹਿਤ ਜਿੱਥੇ ਭੀਖ ਮੰਗਣ ਨੂੰ ਪੇਸ਼ਾ ਬਣਾ ਚੁੱਕੇ ਮੰਗਤਿਆਂ ਵਿਰੁੱਧ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ ਉੱਥੇ ਪ੍ਰਸ਼ਾਸ਼ਨ ਵਲੋਂ ਮਜਬੂਰੀ ਵਿੱਚ ਇਹ ਕੰਮ ਕਰਨ ਵਾਲੇ ਲੋਕਾਂ ਦੀ ਦੇਖਭਾਲ ਦਾ ਇੰਤਜਾਮ ਵੀ ਕੀਤਾ ਜਾਣਾ ਚਾਹੀਦਾ ਹੈ। ਸ਼ਹਿਰ ਵਿੱਚ ਥਾਂ ਥਾਂ ਤੇ ਲੋਕਾਂ ਤੋਂ ਭੀਖ ਮੰਗਣ ਵਾਲੇ ਇਹ ਮੰਗਤੇ ਜਿੱਥੇ ਸ਼ਹਿਰ ਦੀ ਦਿੱਖ ਨੂੰ ਖਰਾਬ ਕਰਦੇ ਹਨ ਉੱਥੇ ਇਹਨਾਂ ਦੇ ਕਾਰਨ ਕਾਨੂੰਨ ਵਿਵਸਥਾ ਦੀ ਹਾਲਤ ਵੀ ਪ੍ਰਭਾਵਿਤ ਹੁੰਦੀ ਹੈ ਇਸ ਲਈ ਪ੍ਰਸ਼ਾਸ਼ਨ ਵਲੋਂ ਇਸ ਸਮੱਸਿਆ ਦੇ ਹਲ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਣੀ ਚਾਹੀਦੀ ਹੈ ਤਾਂ ਜੋ ਲਗਾਤਾਰ ਵੱਧਦੀ ਇਸ ਸਮੱਸਿਆ ਤੋਂ ਲੋਕਾਂ ਨੂੰ ਰਾਹਤ ਮਿਲੇ।

Continue Reading

Editorial

ਬੰਗਲਾ ਅਦਾਕਾਰੀ ਦੇ ਖੇਤਰ ਵਿੱਚ ਅੱਗੇ ਵੱਧ ਰਿਹਾ ਹੈ ਸੁਸ਼ੋਭਨ ਸੋਨੂ ਰੌਏ

Published

on

By

ਇੱਕ ਅਦਾਕਾਰ ਦਾ ਕਰੀਅਰ ਹਮੇਸ਼ਾ ਉਹਨਾਂ ਪ੍ਰੋਡਕਸ਼ਨਾਂ ਦੀ ਗਿਣਤੀ ਨਾਲ ਨਿਰਧਾਰਿਤ ਨਹੀਂ ਹੁੰਦਾ ਜਿਨ੍ਹਾਂ ਵਿੱਚ ਉਹ ਦਿਖਾਈ ਦਿੰਦਾ ਹੈ। ਭੂਮਿਕਾਵਾਂ ਦੀ ਪ੍ਰਕਿਰਤੀ, ਹਰ ਮੌਕੇ ਦੇ ਆਸ-ਪਾਸ ਦੀਆਂ ਹਾਲਤਾਂ ਅਤੇ ਪੇਸ਼ੇਵਰ ਦਿਸ਼ਾ ਵਿੱਚ ਤਬਦੀਲੀਆਂ ਵੀ ਕਿਸੇ ਵਿਅਕਤੀ ਦੇ ਕੰਮ ਦੀ ਸਪਸ਼ਟ ਤਸਵੀਰ ਪੇਸ਼ ਕਰ ਸਕਦੀਆਂ ਹਨ। ਬੰਗਾਲੀ ਅਦਾਕਾਰ ਸੁਸ਼ੋਭਨ ਸੋਨੂ ਰੌਏ ਲਈ, ਟੈਲੀਵਿਜ਼ਨ ਵਿੱਚ ਕਦਮ ਇੱਕ ਪੌਰਾਣਿਕ ਭੂਮਿਕਾ ਨਾਲ ਸ਼ੁਰੂ ਹੋਇਆ, ਫਿਰ ਉਹ ਸਮਕਾਲੀ ਕਾਲਪਨਿਕ ਸੈਟਿੰਗਾਂ ਵਿੱਚ ਗਿਆ ਅਤੇ ਬਾਅਦ ਵਿੱਚ ਵਪਾਰਕ ਮਾਡਲਿੰਗ ਅਤੇ ਫੀਚਰ-ਫਿਲਮ ਨਿਰਮਾਣ ਵੱਲ ਵਧਿਆ।

2019 ਵਿੱਚ ‘ਆਨੰਦਮਈ ਮਾਂ’ ਨਾਲ ਬੰਗਾਲੀ ਟੈਲੀਵਿਜ਼ਨ ਵਿੱਚ ਪ੍ਰਵੇਸ਼ ਕਰਨ ਵਾਲੇ ਰੌਏ ਨੇ ਇਸ ਸੀਰੀਅਲ ਵਿੱਚ ਇੱਕ ਵੈਸ਼ਨਵ ਭਗਤ ਦੀ ਭੂਮਿਕਾ ਨਿਭਾਈ ਸੀ। ਇਸ ਭੂਮਿਕਾ ਲਈ ਸਬਰ, ਸ਼ਾਂਤੀ ਅਤੇ ਪਾਤਰ ਨਾਲ ਜੁੜੀਆਂ ਭਾਵਨਾਵਾਂ ਦੀ ਸਮਝ ਦੀ ਲੋੜ ਸੀ। ਇਸ ਤਜਰਬੇ ਨੂੰ ਉਸਨੇ ਇੱਕ ਸਿੱਖਣ ਦੇ ਮੌਕੇ ਵਜੋਂ ਦੇਖਿਆ, ਜਿਸਨੇ ਉਸਨੂੰ ਇੱਕ ਕਲਾਕਾਰ ਵਜੋਂ ਵਧੇਰੇ ਆਤਮ-ਵਿਸ਼ਵਾਸ ਵਿਕਸਿਤ ਕਰਨ ਵਿੱਚ ਮਦਦ ਕੀਤੀ।

‘ਆਨੰਦਮਈ ਮਾਂ’ ਤੋਂ ਬਾਅਦ, ਰੌਏ ‘ਮੋਹੋਰ’ ਵਿੱਚ ਉਸਨੇ ਇੱਕ ਮੀਡੀਆ ਪੇਸ਼ੇਵਰ ਦੀ ਭੂਮਿਕਾ ਨਿਭਾਈ। ‘ਕੋਰਾਪਾਖੀ’ ਵਿੱਚ ਉਸਦਾ ਪਾਤਰ ਅਭਿਨੇਤਰੀ ਪਰਨੋ ਮਿੱਤਰਾ ਦੇ ਸਾਮ੍ਹਣੇ ਇੱਕ ਨਕਾਰਾਤਮਕ ਭੂਮਿਕਾ ਵਾਲਾ ਸੀ। ਉਸਦੇ ਹੋਰ ਟੈਲੀਵਿਜ਼ਨ ਕ੍ਰੈਡਿਟ ਵਿੱਚ ‘ਜਮੁਨਾ ਢਾਕੀ’, ‘ਤਿਤਲੀ’ ਅਤੇ ‘ਖੇਲਾਘਰ’ ਸ਼ਾਮਲ ਹਨ।

2023 ਵਿੱਚ, ਉਸਨੇ ਅਦਾਕਾਰੀ ਵਿੱਚ ਦਿਲਚਸਪੀ ਦੇ ਨਾਲ-ਨਾਲ ਪੇਸ਼ੇਵਰ ਮਾਡਲਿੰਗ ਸ਼ੁਰੂ ਕੀਤੀ। ਇਸ ਨਾਲ ਉਸਨੂੰ ਵਪਾਰਕ ਅਤੇ ਵਿਗਿਆਪਨ ਅਸਾਈਨਮੈਂਟਾਂ ਮਿਲੀਆਂ ਜਿਨ੍ਹਾਂ ਵਿੱਚ ਹਾਲੀਡੇ ਇਨ ਹੋਟਲ, ਡਾਬਰ, ਅਮਾਜ਼ਨ, ਸਪੈਂਸਰਜ਼, ਬਿਗ ਬਾਜ਼ਾਰ ਅਤੇ ਹੋਰਨਾਂ ਨਾਲ ਜੁੜਿਆ ਕੰਮ ਸ਼ਾਮਲ ਹੈ।

ਰੌਏ ਨੇ ਸੌਮਿਆਜੀਤ ਅਦਕ ਦੁਆਰਾ ਨਿਰਦੇਸ਼ਿਤ ਫਿਲਮ ‘ਟੇਕ ਕੇਅਰ ਭਾਲੋਬਾਸਾ’ ਵਿੱਚ ਵੀ ਕੰਮ ਕੀਤਾ ਹੈ।

Continue Reading

Editorial

ਦੇਸ਼ ਦੀ ਅਰਥਵਿਵਸਥਾ ਦੀ ਅਸਲ ਹਾਲਤ ਬਾਰੇ ਵ੍ਹਾਈਟ ਪੇਪਰ ਜਾਰੀ ਕਰੇ ਕੇਂਦਰ ਸਰਕਾਰ

Published

on

By

ਪਿਛਲੇ 12 ਸਾਲਾਂ ਤੋਂ ਦੇਸ਼ ਦੀ ਸੱਤਾ ਤੇ ਕਾਬਜ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦਾ ਤੀਜਾ ਕਾਰਜਕਾਲ ਚਲ ਰਿਹਾ ਹੈ ਅਤੇ ਕੇਂਦਰ ਸਰਕਾਰ ਵਲੋਂ ਆਪਣੇ ਇਸ ਕਾਰਜਕਾਲ ਦਾ ਦੂਜਾ ਬਜਟ ਪੇਸ਼ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਸੰਬੰਧੀ ਵਿੱਤ ਮੰਤਰੀ ਵਲੋਂ ਵੱਖ ਵੱਖ ਵਿੱਤੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ। ਬੀਤੇ 12 ਸਾਲਾਂ ਤੋਂ ਦੇਸ਼ ਦੀ ਸੱਤਾ ਦੀ ਅਗਵਾਈ ਕਰਨ ਵਾਲੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਸਰਕਾਰ ਦੇ ਹੁਣ ਤਕ ਦੇ ਕਾਰਜਕਾਲ ਦੌਰਾਨ ਦੇਸ਼ ਦੀ ਆਰਥਿਕ ਸਥਿਤੀ ਦੀ ਅਸਲ ਹਾਲਤ ਬਾਰੇ ਆਮ ਲੋਕਾਂ ਨੂੰ ਕੁੱਝ ਵੀ ਸਪਸ਼ਟ ਨਹੀਂ ਹੈ।

ਇਸ ਸੰਬੰਧੀ ਜਿੱਥੇ ਵੱਖ ਵੱਖ ਅੰਤਰਰਾਸ਼ਟਰੀ ਮਾਹਿਰ ਦੇਸ਼ ਦੀ ਆਰਥਿਕ ਸਥਿਤੀ ਦੇ ਲਗਾਤਾਰ ਕਮਜੋਰ ਹੁੰਦੇ ਜਾਣ ਦੀ ਗੱਲ ਕਹਿੰਦੇ ਰਹੇ ਹਨ ਉੱਥੇ ਦੇਸ਼ ਦੀ ਸੱਤਾ ਦਾ ਸੁਖ ਮਾਣ ਰਹੇ ਸੱਤਾਧਾਰੀ ਆਗੂਆਂ ਵਲੋਂ ਲਗਾਤਾਰ ਇਹ ਦਾਅਵੇ ਕੀਤੇ ਜਾਂਦੇ ਰਹੇ ਹਨ ਕਿ ਦੇਸ਼ ਦੀ ਆਰਥਿਕ ਹਾਲਤ ਪਹਿਲਾਂ ਨਾਲੋਂ ਬਹੁਤ ਬਿਹਤਰ ਹੈ ਅਤੇ ਜਨਤਾ ਨੂੰ ਕਿਸੇ ਕਿਸਮ ਦੀ ਫਿਕਰ ਕਰਨ ਦੀ ਕੋਈ ਲੋੜ ਨਹੀਂ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਦੀ ਸੱਤਾ ਦੀ ਅਗਵਾਈ ਦਾ ਕੰਮ ਸੰਭਾਲੇ ਜਾਣ ਤੋਂ ਬਾਅਦ ਤੋਂ ਉਹਨਾਂ ਦੇ ਹੁਣ ਤਕ ਦੇ ਕਾਰਜਕਾਲ ਦੌਰਾਨ ਸਮੇਂ ਸਮੇਂ ਤੇ ਦੇਸ਼ ਦੀ ਅਰਥ ਵਿਵਸਥਾ ਦੀ ਹਾਲਤ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਗੱਲਾਂ ਸਾਮ੍ਹਣੇ ਆਉਂਦੀਆਂ ਰਹੀਆਂ ਹਨ ਅਤੇ ਇਸ ਦੌਰਾਨ ਕਈ ਵਾਰ ਅਜਿਹਾ ਵੀ ਹੋਇਆ ਹੈ ਕਿ ਦੇਸ਼ ਦੀ ਆਰਥਿਕ ਹਾਲਤ ਨੂੰ ਲੈ ਕੇ ਖੁਦ ਸਰਕਾਰ ਵਲੋਂ ਹੀ ਆਪਾ ਵਿਰੋਧੀ ਬਿਆਨਬਾਜੀ ਕੀਤੀ ਗਈ ਹੈ।

ਇੱਕ ਪਾਸੇ ਜਿੱਥੇ ਸੱਤਾਧਾਰੀ ਪਾਰਟੀ ਦੇ ਆਗੂ ਕਹਿ ਰਹੇ ਹੁੰਦੇ ਹਨ ਕਿ ਦੇਸ਼ ਦੀ ਆਰਥਿਕ ਸਥਿਤੀ ਦੀ ਹਾਲਤ ਪਹਿਲਾਂ ਨਾਲੋਂ ਬਹੁਤ ਬਿਹਤਰ ਹੈ ਉੱਥੇ ਦੂਜੇ ਪਾਸੇ ਸਰਕਾਰ ਵਲੋਂ ਦੇਸ਼ ਦੀ ਵਿਕਾਸ ਦਰ (ਜੀ ਡੀ ਪੀ) ਦੇ ਜਿਹੜੇ ਅੰਕੜੇ ਜਾਰੀ ਕੀਤੇ ਜਾਂਦੇ ਹਨ ਉਹ ਦੇਸ਼ ਦੀ ਆਰਥਿਕ ਹਾਲਤ ਵਿੱਚ ਲਗਾਤਾਰ ਵੱਧਦੀ ਕਮਜੋਰੀ ਦਾ ਸੰਕੇਤ ਦੇਣ ਵਾਲੇ ਹੁੰਦੇ ਹਨ ਅਤੇ ਇਸ ਦੌਰਾਨ ਦੇਸ਼ ਦੀ ਵਿਕਾਸ ਦਰ ਲਗਾਤਾਰ ਘੱਟ ਹੁੰਦੀ ਰਹੀ ਹੈ। ਇਸਤੋਂ ਪਹਿਲਾਂ ਕੋਰੋਨਾ ਦੀ ਮਹਾਮਾਰੀ ਦੇ ਪ੍ਰਭਾਵ ਹੇਠ ਲੰਘੇ, ਬੀਤੇ ਛੇ ਸਾਲਾਂ ਵਿੱਚ ਦੇਸ਼ ਦੀ ਅਰਥਵਿਵਸਥਾ ਦਾ ਜਿਹੜਾ ਭਾਰੀ ਨੁਕਸਾਨ ਹੋਇਆ ਹੈ ਉਸਨੂੰ ਬਿਆਨ ਕਰਨਾ ਵੀ ਔਖਾ ਹੈ।

ਕੋਰੋਨਾ ਦੀ ਮਹਾਮਾਰੀ ਕਾਰਨ ਲਾਗੂ ਕੀਤੇ ਗਏ ਲਾਕ ਡਾਉਨ ਕਾਰਨ ਆਈ ਆਰਥਿਕ ਤਬਾਹੀ ਦੌਰਾਨ ਜਿੱਥੇ ਲੱਖਾਂ ਦੀ ਗਿਣਤੀ ਵਿੱਚ ਛੋਟੇ ਵੱਡੇ ਉਦਯੋਗ ਬੰਦ ਹੋ ਗਏ ਸਨ, ਉੱਥੇ ਕਰੋੜਾਂ ਦੀ ਗਿਣਤੀ ਵਿੱਚ ਲੋਕਾਂ ਦਾ ਰੁਜਗਾਰ ਵੀ ਜਾਂਦਾ ਰਿਹਾ ਸੀ। ਇਸ ਦੌਰਾਨ ਸਰਕਾਰ ਵਲੋਂ ਕੀਤੇ ਜਾਂਦੇ ਹਵਾ ਹਵਾਈ ਦਾਅਵਿਆਂ ਤੋਂ ਇਲਾਵਾ ਦੇਸ਼ ਦੇ ਮੱਧਮ ਵਰਗ (ਟੈਕਸ ਦਾਤਿਆਂ) ਨੂੰ ਸਰਕਾਰ ਵਲੋਂ ਕੋਈ ਵੀ ਰਾਹਤ ਨਹੀਂ ਦਿੱਤੀ ਗਈ ਜਦੋਂਕਿ ਇਸ ਦੌਰਾਨ ਦੁਨੀਆ ਭਰ ਦੇ ਦੇਸ਼ਾਂ ਵਿੱਚ ਸਰਕਾਰਾਂ ਵਲੋਂ ਆਪਣੀ ਜਿੰਮੇਵਾਰੀ ਨਿਭਾਉਂਦਿਆਂ ਲੋਕਾਂ ਦੀ ਭਰਪੂਰ ਮਦਦ ਕੀਤੀ ਗਈ ਸੀ। ਸਾਡੀ ਸਰਕਾਰ ਵਲੋਂ ਤਾਂ ਉਲਟਾ ਪੈਟਰੋਲ ਅਤੇ ਡੀਜਲ ਤੇ ਟੈਕਸ ਵਧਾ ਕੇ ਉਲਟਾ ਆਮ ਲੋਕਾਂ ਦਾ ਕਚੂਮਰ ਕੱਢ ਦਿੱਤਾ ਗਿਆ ਹੈ ਅਤੇ ਇਹ ਕਾਰਵਾਈ ਹੁਣੇ ਵੀ ਜਾਰੀ ਹੈ।

ਇਸ ਦੌਰਾਨ ਕੇਂਦਰ ਸਰਕਾਰ ਵਲੋਂ ਭਾਵੇਂ ਦੇਸ਼ ਦੀ ਅਰਥਵਿਵਸਥਾ ਦੀ ਬਦਹਾਲੀ ਦੀ ਗੱਲ ਕਬੂਲ ਕਰਨ ਦੀ ਥਾਂ ਕਈ ਤਰ੍ਹਾਂ ਦੇ ਹਵਾ ਹਵਾਈ ਦਾਅਵੇ ਕੀਤੇ ਜਾਂਦੇ ਰਹੇ ਹਨ ਪਰੰਤੂ ਜਮੀਨੀ ਪੱਧਰ ਤੇ ਹਾਲਾਤ ਵਿੱਚ ਕੋਈ ਸੁਧਾਰ ਨਾ ਹੋਣ ਕਾਰਨ ਲੋਕਾਂ ਵਿੱਚ ਦੇਸ਼ ਦੀ ਅਰਥ ਵਿਵਸਥਾ ਦੀ ਅਸਲ ਹਾਲਤ ਬਾਰੇ ਭੰਬਲਭੂਸੇ ਦੀ ਹਾਲਤ ਬਣੀ ਹੋਈ ਹੈ। ਅਸਲੀਅਤ ਇਹੀ ਹੈ ਕਿ ਇਹਨਾਂ ਤਮਾਮ ਦਾਅਵਿਆਂ ਦੇ ਬਾਵਜੂਦ ਦੇਸ਼ ਦੀ ਜਨਤਾ ਨੂੰ ਨਾ ਤਾਂ ਲਗਾਤਾਰ ਵੱਧਦੀ ਮਹਿੰਗਾਈ ਦੇ ਮੁੱਦੇ ਤੇ ਕੋਈ ਰਾਹਤ ਮਿਲੀ ਹੈ ਅਤੇ ਨਾ ਹੀ ਸਰਕਾਰ ਆਮ ਲੋਕਾਂ ਵਿੱਚ ਆਰਥਿਕ ਸੁਰਖਿਆ ਦਾ ਕੋਈ ਅਹਿਸਾਸ ਜਗਾ ਪਾਈ ਹੈ। ਇਸ ਸਾਰੇ ਕੁੱਝ ਦਾ ਅਸਰ ਦੇਸ਼ ਦੀ ਆਰਥਿਕ ਵਾਧਾ ਦਰ ਤੇ ਬਹੁਤ ਮਾੜਾ ਅਸਰ ਪਿਆ ਹੈ ਅਤੇ ਇਹ ਲਗਾਤਾਰ ਘੱਟ ਹੁੰਦੀ ਰਹੀ ਹੈ।

ਇਸ ਸੰਬੰਧੀ ਕੇਂਦਰ ਸਰਕਾਰ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਜਨਤਾ ਨੂੰ ਦੇਸ਼ ਦੀ ਮੌਜੂਦਾ ਆਰਥਿਕ ਸਥਿਤੀ ਦੀ ਮੁਕੰਮਲ ਜਾਣਕਾਰੀ ਦੇਣ ਲਈ ਅਰਥ ਵਿਵਸਥਾ ਬਾਰੇ ਵ੍ਹਾਈਟ ਪੇਪਰ ਜਾਰੀ ਕਰੇ ਤਾਂ ਜੋ ਜਨਤਾ ਦੇਸ਼ ਦੀ ਆਰਥਿਕ ਸਥਿਤੀ ਦੀ ਅਸਲੀਅਤ ਜਾਣ ਸਕੇ। ਦੇਸ਼ ਦੀ ਜਨਤਾ ਨੂੰ ਇਹ ਜਾਨਣ ਦਾ ਪੂਰਾ ਹੱਕ ਹੈ ਕਿ ਕੇਂਦਰ ਅਤੇ ਰਾਜ ਸਰਕਾਰਾਂ ਦੀ ਆਰਥਿਕ ਹਾਲਤ ਦੀ ਅਸਲੀਅਤ ਕੀ ਹੈ ਅਤੇ ਉਹਨਾਂ ਦਾ ਮਾਲੀਆ ਘਾਟਾ ਕਿੰਨਾ ਵੱਧ ਚੁੱਕਿਆ ਹੈ ਕਿਉਂਕਿ ਅਖੀਰਕਾਰ ਇਸ ਘਾਟੇ ਦਾ ਬੋਝ ਆਮ ਜਨਤਾ ਤੇ ਹੀ ਪੈਣਾ ਹੈ। ਜਨਤਾ ਨੂੰ ਇਹ ਜਾਨਣ ਦਾ ਵੀ ਪੂਰਾ ਹੱਕ ਹੈ ਕਿ ਅਰਥ ਵਿਵਸਥਾ ਵਿੱਚ ਆਈ ਇਸ ਕਮਜੋਰੀ ਦੇ ਪਿੱਛੇ ਅਸਲ ਕਾਰਨ ਕੀ ਹਨ ਅਤੇ ਸਰਕਾਰ ਵਲੋਂ ਅਰਥਵਿਵਸਥਾ ਵਿੱਚ ਸੁਧਾਰ ਕਰਨ ਅਤੇ ਲਗਾਤਾਰ ਵੱਧਦੇ ਮਾਲੀਆ ਘਾਟੇ ਨੂੰ ਪਰਾ ਕਰਨ ਲਈ ਕਿਹੜੇ ਕਦਮ ਚੁੱਕੇ ਜਾ ਰਹੇ ਹਨ। ਇਸ ਲਈ ਦੇਸ਼ ਦੀ ਵਿੱਤੀ ਹਾਲਤ ਅਤੇ ਆਰਥਿਕ ਵਿਕਾਸ ਸੰਬੰਧੀ ਸਰਕਾਰੀ ਦਾਅਵਿਆਂ ਦੀ ਅਸਲੀਅਤ ਸਭ ਦੇ ਸਾਮ੍ਹਣੇ ਲਿਆਂਦੀ ਜਾਣੀ ਚਾਹੀਦੀ ਹੈ।

Continue Reading

Editorial

ਸੂਬੇ ਦੇ ਸਾਰੇ ਪੁੱਲਾਂ ਅਤੇ ਫਲਾਈਓਵਰਾਂ ਦੀ ਜਾਂਚ ਕਰਵਾਏ ਜਾਣ ਦੀ ਲੋੜ

Published

on

By

ਚੰਡੀਗੜ੍ਹ ਬਠਿੰਡਾ ਹਾਈਵੇਅ ਤੇ ਪਟਿਆਲਾ ਬਾਈਪਾਸ ਨੇੜੇ ਭਾਖੜਾ ਨਹਿਰ ਤੇ ਬਣਿਆ ਪੁੱਲ ਡਿੱਗਣ ਦਾ ਮਾਮਲਾ ਅੱਜ ਕੱਲ੍ਹ ਮੀਡੀਆ ਦੀਆਂ ਸੁਰਖ਼ੀਆਂ ਬਣਿਆ ਹੋਇਆ ਹੈ। ਕਿਹਾ ਜਾ ਰਿਹਾ ਹੈ ਕਿ ਇਹ ਪੁੱਲ ਸਿਰਫ਼ 10 ਸਾਲ ਪੁਰਾਣਾ ਸੀ, ਪਰੰਤੂ ਇਸ ਦੇ ਬਾਵਜੂਦ ਇਹ ਪੁੱਲ ਡਿੱਗ ਗਿਆ।

ਜਿਸ ਸਮੇਂ ਇਹ ਪੁੱਲ ਡਿੱਗਿਆ, ਉਸ ਸਮੇਂ ਇਸ ਪੁੱਲ ਤੋਂ ਤਿੰਨ ਓਵਰਲੋਡ ਟਰਾਲੇ-ਟਰੱਕ ਲੰਘ ਰਹੇ ਸਨ। ਜਿਹਨਾਂ ਵਿਚੋਂ ਦੋ ਤਾਂ ਪੁੱਲ ਦੇ ਨਾਲ ਹੀ ਹੇਠਾਂ ਡਿੱਗ ਗਏ, ਜਦੋਂਕਿ ਤੀਜੇ ਟਰੱਕ ਨੂੰ ਉਸ ਦਾ ਡਰਾਇਵਰ ਮੁਸਤੈਦੀ ਦਿਖਾਉਂਦਿਆਂ ਇੱਕ ਦਮ ਤੇਜ਼ ਕਰਕੇ ਪੁੱਲ ਦੇ ਨਾਲ ਡਿੱਗਣ ਤੋਂ ਬਚਾ ਕੇ ਭਜਾ ਕੇ ਲੈ ਗਿਆ।

ਇਸ ਪੁੱਲ ਦੇ ਡਿੱਗਣ ਤੋਂ ਬਾਅਦ ਆਮ ਲੋਕਾਂ ਤੋਂ ਲੈ ਕੇ ਸਿਆਸੀ ਧਿਰਾਂ ਤੱਕ ਨਵੀਂ ਚਰਚਾ ਹੋਣ ਲੱਗੀ ਹੈ। ਸਿਆਸੀ ਆਗੂ ਇਸ ਪੁੱਲ ਦੇ ਡਿੱਗਣ ਨੂੰ ਸਿਆਸੀ ਰੰਗਤ ਦੇਣ ਲੱਗ ਪਏ ਹਨ। ਕੁਝ ਸਿਆਸੀ ਆਗੂ ਕਹਿ ਰਹੇ ਹਨ ਕਿ ਇਹ ਪੁੱਲ ਮੌਜੂਦਾ ਪੰਜਾਬ ਸਰਕਾਰ ਦੀ ਅਣਗਹਿਲੀ ਕਾਰਨ ਡਿੱਗਿਆ ਹੈ, ਜਦੋਂ ਕਿ ਕੁਝ ਸਿਆਸੀ ਆਗੂ ਕਹਿ ਰਹੇ ਹਨ ਕਿ ਇਹ ਪੁੱਲ ਬਾਦਲ ਸਰਕਾਰ ਸਮੇਂ ਬਣਿਆ ਸੀ। ਸੁਖਬੀਰ ਬਾਦਲ ਜਦੋਂ ਡਿਪਟੀ ਮੁੱਖ ਮੰਤਰੀ ਸਨ ਤਾਂ ਉਹ ਅਕਸਰ ਦਾਅਵਾ ਕਰਦੇ ਸਨ ਕਿ ਉਹਨਾਂ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਏਨੀਆਂ ਮਜਬੂਤ ਸੜਕਾਂ ਬਣਾਈਆਂ ਗਈਆਂ ਹਨ ਕਿ ਉਹਨਾਂ ਸੜਕਾਂ ਤੇ ਬੰਬ ਵੀ ਸੁੱਟ ਦਿੱਤਾ ਜਾਵੇ ਤਾਂ ਵੀ ਉਹ ਸੜਕਾਂ ਨਹੀਂ ਟੁੱਟਣਗੀਆਂ। ਹੁਣ ਸੋਸ਼ਲ ਮੀਡੀਆ ਤੇ ਸੁਖਬੀਰ ਬਾਦਲ ਦੇ ਇਸ ਬਿਆਨ ਨੂੰ ਅਤੇ ਟੁੱਟ ਕੇ ਡਿੱਗੇ ਪੁੱਲ ਦੀਆਂ ਤਸਵੀਰਾਂ ਦਿਖਾਈਆਂ ਜਾ ਰਹੀਆਂ ਹਨ।

ਦੂਜੇ ਪਾਸੇ ਕੁਝ ਲੋਕ ਅਜਿਹੇ ਵੀ ਹਨ, ਜੋ ਕਿ ਪੁੱਲ ਡਿੱਗਣ ਲਈ ਓਵਰ ਲੋਡ ਟਰਾਲਿਆਂ ਨੂੰ ਵੀ ਜ਼ਿੰਮੇਵਾਰ ਠਹਿਰਾਅ ਰਹੇ ਹਨ। ਇਹਨਾਂ ਲੋਕਾਂ ਦਾ ਕਹਿਣਾ ਹੈ ਕਿ ਟਰਾਲਿਆਂ ਅਤੇ ਟਰੱਕਾਂ ਵਿੱਚ ਅਕਸਰ ਉਹਨਾਂ ਲਈ ਤੈਅ ਲਿਮਿਟ ਅਤੇ ਸਮਰਥਾ ਤੋਂ ਜਿਆਦਾ ਸਮਾਨ ਲੱਦਿਆ ਹੁੰਦਾ ਹੈ ਅਤੇ ਇਹ ਓਵਰਲੋਡ ਟਰਾਲੇ ਅਕਸਰ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਤੋਂ ਇਲਾਵਾ ਵੱਖ ਵੱਖ ਪਿੰਡਾਂ ਦੇ ਲੋਕ ਵੀ ਅਕਸਰ ਦੋਸ਼ ਲਗਾਉਂਦੇ ਹਨ ਕਿ ਉਹਨਾਂ ਦੇ ਪਿੰਡਾਂ ਦੀਆਂ ਸੜਕਾਂ ਤੋਂ ਲੰਘਦੇ ਓਵਰਲੋਡ ਟਰਾਲਿਆਂ ਕਾਰਨ ਇਹ ਸੜਕਾਂ ਜਲਦੀ ਟੁੱਟ ਭੱਜ ਜਾਂਦੀਆਂ ਹਨ ਕਿਉਂਕਿ ਪਿੰਡਾਂ ਦੀਆਂ ਇਹ ਲਿੰਕ ਸੜਕਾਂ ਭਾਰੀ ਓਵਰਲੋਡ ਟਰਾਲਿਆਂ ਦਾ ਭਾਰ ਸਹਿਣ ਜੋਗੀਆਂ ਨਹੀਂ ਹੁੰਦੀਆਂ।

ਪਟਿਆਲਾ ਬਾਈਪਾਸ ਨੇੜੇ ਪੁੱਲ ਟੁੱਟਣ ਦੀ ਘਟਨਾਂ ਤੋਂ ਬਾਅਦ ਕੁਝ ਲੋਕਾਂ ਵਲੋਂ ਮੰਗ ਕੀਤੀ ਜਾ ਰਹੀ ਹੈ ਕਿ ਅਸਲ ਵਿੱਚ ਪੰਜਾਬ ਦੇ ਸਾਰੇ ਨਹਿਰੀ ਪੁੱਲਾਂ, ਫਲਾਈਓਵਰਾਂ ਅਤੇ ਹੋਰ ਪੁੱਲਾਂ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਕਿ ਇਹ ਪੁੱਲ ਕਿਸੇ ਪਾਸਿਓਂ ਕਮਜੋਰ ਤਾਂ ਨਹੀਂ ਹੋਏ। ਇਸ ਤਰ੍ਹਾਂ ਕੀਤੀ ਗਈ ਜਾਂਚ ਦੌਰਾਨ ਇਹ ਪਤਾ ਲੱਗ ਜਾਵੇਗਾ ਕਿ ਸਾਰੇ ਪੁੱਲ ਮਜਬੂਤ ਹਨ ਜਾਂ ਨਹੀਂ। ਜੇ ਕੋਈ ਪੁੱਲ ਕਮਜੋਰ ਪਾਇਆ ਜਾਂਦਾ ਹੈ ਤਾਂ ਉਸ ਦੀ ਲੋੜੀਂਦੀ ਮੁਰੰਮਤ ਕੀਤੀ ਜਾ ਸਕਦੀ ਹੈ।

ਕੁਝ ਲੋਕ ਇਹ ਵੀ ਕਹਿ ਰਹੇ ਹਨ ਕਿ ਪੰਜਾਬ ਵਿੱਚ ਅੰਗ੍ਰੇਜਾਂ ਦੇ ਬਣਾਏ ਹੋਏ ਕਈ ਪੁੱਲ ਅਜੇ ਵੀ ਸਹੀ ਸਲਾਮਤ ਹਨ ਅਤੇ ਉਹਨਾਂ ਉਪਰ ਵੀ ਭਾਰੀ ਆਵਾਜਾਈ ਚੱਲ ਰਹੀ ਹੈ ਪਰ ਕੁਝ ਸਾਲ ਪਹਿਲਾਂ ਭਾਰਤੀ ਮਾਹਿਰਾਂ ਵੱਲੋਂ ਬਣਾਏ ਗਏ ਪੁੱਲ ਢਹਿਢੇਰੀ ਹੋ ਰਹੇ ਹਨ। ਜਿਸ ਕਾਰਨ ਇਹ ਪੁੱਲ ਬਣਾਉਣ ਲਈ ਵਰਤੇ ਗਏ ਸਮਾਨ ਦੀ ਗੁਣਵਤਾ ਤੇ ਸਵਾਲ ਉਠ ਰਹੇ ਹਨ। ਆਮ ਲੋਕ ਅਕਸਰ ਇਹ ਗੱਲ ਕਹਿੰਦੇ ਹਨ ਕਿ ਕੋਈ ਵੀ ਸੜਕ ਜਾਂ ਪੁੱਲ ਬਣਾਉਂਦੇ ਸਮੇਂ ਠੇਕੇਦਾਰਾਂ ਵੱਲੋਂ ਘਟੀਆ ਮਟੀਰੀਅਲ ਜਾਂ ਘੱਟ ਮਟੀਰੀਅਲ ਦੀ ਵਰਤੋ ਕੀਤੀ ਜਾਂਦੀ ਹੈ ਤਾਂ ਕਿ ਉਹਨਾਂ ਦਾ ਖਰਚਾ ਘੱਟ ਹੋਵੇ ਅਤੇ ਆਰਥਿਕ ਲਾਭ ਜਿਆਦਾ ਹੋਵੇ। ਦੂਜੇ ਪਾਸੇ ਕੁਝ ਠੇਕੇਦਾਰ ਇਹ ਕਹਿੰਦੇ ਹਨ ਕਿ ਸਰਕਾਰੀ ਅਫਸਰ ਅਤੇ ਆਮ ਮੁਲਾਜਮ ਹਰ ਕੰਮ ਵਿੱਚੋਂ ਆਪਣਾ ਹਿੱਸਾ ਮੰਗਦੇ ਹਨ, ਜਿਸ ਕਾਰਨ ਸਾਰਾ ਬੋਝ ਠੇਕੇਦਾਰਾਂ ਤੇ ਪੈ ਜਾਂਦਾ ਹੈ ਅਤੇ ਉਹ ਆਪਣਾ ਘਾਟਾ ਪੂਰਾ ਕਰਨ ਲਈ ਅਕਸਰ ਪੁੱਲ ਅਤੇ ਸੜਕਾਂ ਬਣਾਉਣ ਸਮੇਂ ਹਲਕਾ ਸਮਾਨ ਵਰਤਦੇ ਹਨ।

ਕਾਰਨ ਚਾਹੇ ਕੋਈ ਵੀ ਹੋਣ ਪਰ ਇਸ ਤਰ੍ਹਾਂ ਪੁੱਲ ਟੁੱਟਣ ਅਤੇ ਹਾਦਸੇ ਵਾਪਰਨ ਕਾਰਨ ਵੱਡੇ ਸਵਾਲ ਖੜੇ ਹੋ ਰਹੇ ਹਨ। ਪਟਿਆਲਾ ਦੇ ਡਿਪਟੀ ਕਮਿਸ਼ਨਰ ਵੱਲੋਂ ਇਸ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪਟਿਆਲਾ ਬਾਈਪਾਸ ਨੇੜੇ ਭਾਖੜਾ ਨਹਿਰ ਤੇ ਬਣੇ ਪੁੱਲ ਦੇ ਟੁੱਟਣ ਦੀ ਸਮਾਂਬੱਧ ਜਾਂਚ ਸਹੀ ਤਰੀਕੇ ਨਾਲ ਕਰਵਾਏ ਤਾਂ ਕਿ ਅੱਗੇ ਤੋਂ ਅਜਿਹੇ ਹਾਦਸੇ ਨਾ ਵਾਪਰ ਸਕਣ।

ਬਿਊਰੋ

Continue Reading

Latest News

Trending