Chandigarh
ਵਿਜੀਲੈਂਸ ਬਿਊਰੋ ਵਲੋਂ 25000 ਰੁਪਏ ਰਿਸ਼ਵਤ ਲੈਂਦਾ ਏ. ਐਸ. ਆਈ. ਰੰਗੇ ਹੱਥੀ ਕਾਬੂ
ਚੰਡੀਗੜ੍ਹ, 3 ਨਵੰਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਦਿੜ੍ਹਬਾ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਤਰਸੇਮ ਲਾਲ ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏ ਐਸ ਆਈ ਨੂੰ ਅਨਾਜ ਮੰਡੀ ਭਵਾਨੀਗੜ੍ਹ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਕਿਸੇ ਹੋਰ ਮਾਮਲੇ ਵਿੱਚ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪਾ ਨਾ ਮਾਰਨ ਬਦਲੇ ਏਐਸਆਈ ਤਰਸੇਮ ਲਾਲ ਨੇ ਉਸ ਕੋਲੋਂ 30 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਰਿਸ਼ਵਤ ਮੰਗਣ ਸਬੰਧੀ ਹੋਈ ਗੱਲਬਾਤ ਦੀ ਰਿਕਾਰਡਿੰਗ ਵੀ ਕਰ ਲਈ ਗਈ ਸੀ।
ਸ਼ਿਕਾਇਤਕਰਤਾ ਰਿਸ਼ਵਤ ਦੇਣ ਲਈ ਤਿਆਰ ਨਹੀਂ ਸੀ, ਜਿਸ ਕਾਰਨ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਸ਼ਿਕਾਇਤ ਦਰਜ ਕਰਵਾਈ। ਜਿਸ ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਏਐਸਆਈ ਤਰਸੇਮ ਲਾਲ ਨੂੰ ਸ਼ਿਕਾਇਤਕਰਤਾ ਤੋਂ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਮੌਕੇ ਤੇ ਹੀ ਕਾਬੂ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Chandigarh
ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ 11 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 3 ਨਵੰਬਰ (ਸ.ਬ.) ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵਿਭਾਗ ਵਿੱਚ ਨਵ-ਨਿਯੁਕਤ 11 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਭਵਨ ਵਿਖੇ ਕਰਵਾਏ ਗਏ ਸੰਖੇਪ ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਨਿਯੁਕਤੀਆਂ ਪੰਜਾਬ ਸਰਕਾਰ ਦੀ ਤਰਸ ਦੇ ਆਧਾਰ ਤੇ ਨੌਕਰੀ ਦੇਣ ਦੀ ਨੀਤੀ ਤਹਿਤ ਕੀਤੀਆਂ ਗਈਆਂ ਹਨ। ਇਸ ਨੀਤੀ ਤਹਿਤ ਸਰਕਾਰੀ ਸੇਵਾ ਦੌਰਾਨ ਅਕਾਲ ਚਲਾਣਾ ਕਰ ਗਏ ਮੁਲਾਜ਼ਮਾਂ ਦੇ ਯੋਗ ਪਰਿਵਾਰਕ ਮੈਂਬਰਾਂ ਨੂੰ ਰੁਜ਼ਗਾਰ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲਿਆਂ ਵਿੱਚ ਇੱਕ ਜੂਨੀਅਰ ਡਰਾਫਟਸਮੈਨ, ਤਿੰਨ ਕਲਰਕ ਅਤੇ ਸੱਤ ਸੇਵਾਦਾਰ ਸ਼ਾਮਲ ਹਨ।
ਇਸ ਮੌਕੇਸ. ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਨਵੇਂ ਭਰਤੀ ਹੋਏ ਮੁਲਾਜ਼ਮ ਆਪਣੀ ਸਮਰਪਿਤ ਸੇਵਾ ਰਾਹੀਂ ਪੰਜਾਬ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਉਣਗੇ। ਉਹਨਾਂ ਕਿਹਾ ਕਿ ਇਨ੍ਹਾਂ ਉਮੀਦਵਾਰਾਂ ਨੂੰ ਸਰਕਾਰੀ ਨੌਕਰੀ ਦੇ ਕੇ ਸੂਬਾ ਸਰਕਾਰ ਨੇ ਪੀੜਤ ਪਰਿਵਾਰਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਈ ਹੈ। ਉਨ੍ਹਾਂ ਨਵ-ਨਿਯੁਕਤ ਮੁਲਾਜ਼ਮਾਂ ਨੂੰ ਆਪਣੀਆਂ ਡਿਊਟੀਆਂ ਪੂਰੀ ਇਮਾਨਦਾਰੀ, ਤਨਦੇਹੀ ਅਤੇ ਵਚਨਬੱਧਤਾ ਨਾਲ ਨਿਭਾਉਣ ਅਤੇ ਵਿਭਾਗ ਦੀ ਕਾਰਜਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਨ ਦੀ ਅਪੀਲ ਕੀਤੀ।
ਵਿਭਾਗ ਵਲੋਂ ਕੀਤੀ ਗਈ ਭਰਤੀ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ ਵਿਭਾਗ ਵੱਲੋਂ 44 ਉਪ ਮੰਡਲ ਇੰਜੀਨੀਅਰ, 97 ਜੂਨੀਅਰ ਇੰਜੀਨੀਅਰ, 84 ਜੂਨੀਅਰ ਡਰਾਫਟਸਮੈਨ, 59 ਕਲਰਕ, 27 ਸਟੈਨੋ-ਟਾਈਪਿਸਟ, 34 ਜੂਨੀਅਰ ਟੈਕਨੀਸ਼ੀਅਨ, 77 ਤਕਨੀਕੀ ਸਹਾਇਕ, 135 ਸੇਵਾਦਾਰ, ਦੋ ਚੌਕੀਦਾਰ ਅਤੇ 11 ਸਫ਼ਾਈ ਸੇਵਕ ਭਰਤੀ ਕੀਤੇ ਗਏ ਹਨ ਜਿਹੜੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਵਾਧੂ ਮੁਲਾਜ਼ਮਾਂ ਦੀ ਭਰਤੀ ਨਾਲ ਵਿਭਾਗ ਦੀਆਂ ਮਨੁੱਖੀ ਸਰੋਤਾਂ ਸਬੰਧੀ ਲੋੜਾਂ ਪੂਰੀਆਂ ਕਰਨ ਵਿੱਚ ਮਦਦ ਮਿਲੇਗੀ ਅਤੇ ਚੱਲ ਰਹੇ ਤੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਵਿਕਾਸ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਵਿਭਾਗ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਵਿਭਾਗ ਪੇਂਡੂ ਪੰਜਾਬ ਦੇ ਵਸਨੀਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਅਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਰਕਾਰ ਦੀਆਂ ਰੁਜ਼ਗਾਰ ਯੋਜਨਾਵਾਂ ਤਹਿਤ ਯੋਗ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਵੀ ਯਤਨਸ਼ੀਲ ਹੈ।
ਇਸ ਦੌਰਾਨ ਵਿੱਤ ਕਮਿਸ਼ਨਰ (ਰੈਵੀਨਿਊ) ਸ੍ਰੀਮਤੀ ਜਸਪ੍ਰੀਤ ਤਲਵਾੜ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਮਵੀਰ, ਵਿਭਾਗ ਦੀ ਮੁਖੀ ਸ੍ਰੀਮਤੀ ਸਈਅਦ ਸਹਿਰਿਸ਼ ਅਸਗਰ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀ ਤੇ ਮੁੱਖ ਇੰਜੀਨੀਅਰ ਹਾਜ਼ਰ ਸਨ।
Chandigarh
ਤਿੰਨ ਆਪ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ
ਚੇਤਨ ਸਿੰਘ ਜੌੜਾਮਾਜਰਾ, ਹਰਮੀਤ ਸਿੰਘ ਪਠਾਨਮਾਜਰਾ ਅਤੇ ਕੁੰਵਰ ਵਿਜੈ ਪ੍ਰਤਾਪ ਸਿੰਘ ਹੋਏ ਭਾਜਪਾ ਵਿੱਚ ਸ਼ਾਮਿਲ
ਚੰਡੀਗੜ੍ਹ, 2 ਨਵੰਬਰ (ਸ.ਬ.) ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਤਿੰਨ ਵਿਧਾਇਕਾਂ ਵਲੋਂ ਅੱਜ ਭਾਜਪਾ ਦਾ ਪੱਲਾ ਫੜ ਲਿਆ ਗਿਆ ਹੈ। ਜਿਕਰਯੋਗ ਹੈ ਕਿ ਸਮਾਣਾ ਤੋਂ ‘ਆਪ’ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵਲੋਂ ਬੀਤੇ ਕੱਲ੍ਹ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ ਅਤੇ ਦੂਸਰੇ ਗੇੜ ਵਿੱਚ ਅੱਜ ਅੰਮ੍ਰਿਤਸਰ ਉੱਤਰੀ ਤੋਂ ‘ਆਪ’ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਪਾਰਟੀ ਛੱਡਣ ਤੋਂ ਇਲਾਵਾ ਵਿਧਾਇਕ ਦੇ ਅਹੁਦੇ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ।
‘ਆਪ’ ਵਿਧਾਇਕਾਂ ਦੀ ਇਸ ਤਿੱਕੜੀ ਨੇ ਅੱਜ ਦਿੱਲੀ ਵਿਖੇ ਭਾਜਪਾ ਦਫ਼ਤਰ ਵਿੱਚ ਪਹੁੰਚ ਕੇ ਭਾਜਪਾ ਵਿੱਚ ਸ਼ਮੂਲੀਅਤ ਕਰ ਲਈ। ਭਾਜਪਾ ਦੇ ਪੰਜਾਬ ਇੰਚਾਰਜ ਸਤੀਸ਼ ਪੂਨੀਆ ਅਤੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਇਸ ਸ਼ਮੂਲੀਅਤ ਮੌਕੇ ਇਨ੍ਹਾਂ ਤਿੰਨੋਂ ਵਿਧਾਇਕਾਂ ਨੂੰ ਪਾਰਟੀ ਵਿੱਚ ਜੀ ਆਇਆ ਨੂੰ ਆਖਿਆ। ਇਸ ਮੌਕੇ ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਸਿੰਘ ਪਠਾਨਮਾਜਰਾ ਨੇ ਅੱਜ ਭਗਵੇਂ ਰੰਗ ਦੀਆਂ ਪੱਗਾਂ ਬੰਨੀਆਂ ਹੋਈਆਂ ਸਨ। ਪਹਿਲਾਂ ਇਨ੍ਹਾਂ ਪੱਗਾਂ ਦਾ ਰੰਗ ਬਸੰਤੀ ਹੁੰਦਾ ਸੀ।
ਇੱਥੇ ਜਿਕਰਯੋਗ ਹੈ ਕਿ ਸਾਬਕਾ ਮੰਤਰੀ ਅਤੇ ਹਲਕਾ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੀ ਉਦੋਂ ਤੋਂ ਪਾਰਟੀ ਨਾਲ ਨਾਰਾਜ਼ ਹਨ, ਜਦੋਂ ਤੋਂ ਪਾਰਟੀ ਨੇ ਸਮਾਣਾ ਦੀ ਹਲਕਾ ਇੰਚਾਰਜ ਦੀ ਜਿੰਮੇਵਾਰੀ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੂੰ ਸੌਂਪੀ ਹੈ। ਜੌੜਾਮਾਜਰਾ ‘ਆਪ’ ਸਰਕਾਰ ਵਿੱਚ ਕੈਬਨਿਟ ਮੰਤਰੀ ਰਹੇ ਹਨ ਤੇ ਉਨ੍ਹਾਂ ਕੋਲ ਸਿਹਤ, ਬਾਗ਼ਬਾਨੀ, ਸੂਚਨਾ ਤੇ ਲੋਕ ਸੰਪਰਕ ਮਹਿਕਮੇ ਦੀ ਅਗਵਾਈ ਵੀ ਰਹੀ। ਉਨ੍ਹਾਂ ਨੇ ਸਾਲ 2022 ਵਿੱਚ ਹਲਕਾ ਸਮਾਣਾ ਤੋਂ ਅਕਾਲੀ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੂੰ 39,713 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਚੋਣ ਜਿੱਤੀ ਸੀ। ਜੌੜਾਮਾਜਰਾ ਸਿਹਤ ਮੰਤਰੀ ਹੁੰਦਿਆਂ ਵਿਵਾਦਾਂ ਵਿੱਚ ਘਿਰ ਗਏ ਸਨ ਜਦੋਂ ਉਨ੍ਹਾਂ ਨੇ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਗੱਦਿਆਂ ਦੇ ਨਿਰੀਖਣ ਸਮੇਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਗੰਦੇ ਗੱਦੇ ਤੇ ਲੇਟਣ ਲਈ ਕਿਹਾ ਸੀ।
ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਮੁੱਖ ਮੰਤਰੀ ਭਗਵੰਤ ਮਾਨ ਦੇ ਪਰਿਵਾਰ ਨਾਲ ਕਾਫ਼ੀ ਨੇੜਤਾ ਸੀ। ਉਹ ਸਿਆਸੀ ਹਲਕਿਆਂ ਵਿੱਚ ‘ਫੁੱਫੜ’ ਵਜੋਂ ਮਸ਼ਹੂਰ ਹਨ। ਪੰਜਾਬ ਪੁਲੀਸ ਨੇ ਸਤੰਬਰ 2025 ਵਿੱਚ ਸਾਬਕਾ ਪਤਨੀ ਦੀ ਸ਼ਿਕਾਇਤ ਤੇ ਪਠਾਨਮਾਜਰਾ ਖ਼ਿਲਾਫ਼ ਜਬਰ-ਜ਼ਿਨਾਹ ਦਾ ਕੇਸ ਦਰਜ ਕੀਤਾ ਸੀ। ਪੁਲੀਸ ਨੇ ਮਾਰਚ ਵਿੱਚ ਉਨ੍ਹਾਂ ਨੂੰ ਗਵਾਲੀਅਰ ਨੇੜਿਓਂ ਗ੍ਰਿਫ਼ਤਾਰ ਕੀਤਾ ਸੀ। ਮਗਰੋਂ ਉਨ੍ਹਾਂ ਨੂੰ ਹਾਈ ਕੋਰਟ ਵਿੱਚੋਂ ਜ਼ਮਾਨਤ ਮਿਲ ਗਈ ਸੀ। ਪਠਾਨਮਾਜਰਾ ਖ਼ਿਲਾਫ਼ ਪਟਿਆਲਾ ਜ਼ਿਲ੍ਹੇ ਵਿੱਚ ਗ਼ੈਰ-ਕਾਨੂੰਨੀ ਖਣਨ ਦਾ ਵੀ ਕੇਸ ਦਰਜ ਹੈ।
ਸੂਤਰਾਂ ਦੀ ਮੰਨੀਏ ਤਾਂ ਦੋਵੇਂ ਵਿਧਾਇਕ ਬਿਨਾਂ ਕਿਸੇ ਸਿਆਸੀ ਸ਼ਰਤ ਦੇ ਭਾਜਪਾ ਵਿੱਚ ਸ਼ਮੂਲੀਅਤ ਕਰ ਰਹੇ ਹਨ। ਭਾਜਪਾ ਨੇ ਵੀ ਦੋਵਾਂ ਨੂੰ ਬਿਨਾਂ ਟਿਕਟ ਦੀ ਸ਼ਰਤ ਤੋਂ ਸ਼ਾਮਲ ਕਰਨ ਦਾ ਫ਼ੈਸਲਾ ਕੀਤਾ ਹੈ। ਭਾਜਪਾ ਦੀ ਕੌਮੀ ਲੀਡਰਸ਼ਿਪ ਨੇ ਪੰਜਾਬ ਭਾਜਪਾ ਨੂੰ ਹਦਾਇਤ ਦਿੱਤੀ ਹੈ ਕਿ ਉਨ੍ਹਾਂ ਵਿਧਾਇਕਾਂ ਨੂੰ ਹੀ ਪਾਰਟੀ ਵਿੱਚ ਲਿਆ ਜਾਵੇ ਜਿਨ੍ਹਾਂ ਦੀ ਜਨਤਕ ਦਿੱਖ ਦਾਗ਼ਦਾਰ ਨਾ ਹੋਵੇ।
ਆਮ ਆਦਮੀ ਪਾਰਟੀ ਵਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਬੀਤੇ ਸਾਲ ਜੂਨ ਵਿੱਚ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਪੰਜ ਸਾਲਾਂ ਲਈ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਇਹ ਮੁਅੱਤਲੀ ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ (ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ) ਵਿਰੁੱਧ ਪੰਜਾਬ ਵਿਜੀਲੈਂਸ ਬਿਊਰੋ ਦੀ ਕਾਰਵਾਈ ਤੇ ਸਵਾਲ ਚੁੱਕਣ ਤੋਂ ਬਾਅਦ ਹੋਈ ਸੀ। ਕੁੰਵਰ ਵਿਜੇ ਪ੍ਰਤਾਪ ਸਿੰਘ ਕਈ ਮੁੱਦਿਆਂ ਤੇ ‘ਆਪ’ ਸਰਕਾਰ ਦੇ ਤਿੱਖੇ ਆਲੋਚਕ ਰਹੇ। ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅੱਜ ਸਵੇਰੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਸੀ। ਇਸ ਤੋਂ ਕੁੱਝ ਸਮਾਂ ਬਾਅਦ ਉਨ੍ਹਾਂ ਆਮ ਆਦਮੀ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।
ਇਹਨਾਂ ਤਿੰਨਾਂ ਵਿਧਾਇਕਾਂ ਵਲੋਂ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਇਹ ਕਿਆਸ ਅਰਾਈਆਂ ਜੋਰ ਫੜ ਗਈਆਂ ਹਨ ਕਿ ਆਉਂਦੇ ਦਿਨਾਂ ਦੌਰਾਨ ਆਪ ਦੇ ਕੁੱਝ ਹੋਰ ਆਗੂ ਅਤੇ ਵਿਧਾਇਕ ਵੀ ਅਸਤੀਫਾ ਦੇ ਸਕਦੇ ਹਨ।
Chandigarh
ਕਾਂਗਰਸ ਤੇ ਆਪ ਨੂੰ ਛੱਡ ਕੇ ਸਾਰੀਆਂ ਹਮਖਿਆਲੀ ਪਾਰਟੀਆਂ ਨਾਲ ਗਠਜੋੜ ਦੇ ਰਾਹ ਖੁੱਲ੍ਹੇ : ਸੁਖਬੀਰ ਸਿੰਘ ਬਾਦਲ
ਆਉਂਦੇ ਦਿਨਾਂ ਦੌਰਾਨ ਸਭ ਕੁਝ ਸਾਮ੍ਹਣੇ ਆ ਜਾਵੇਗਾ
ਚੰਡੀਗੜ੍ਹ, 2 ਨਵੰਬਰ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਜਪਾ ਨਾਲ ਗੱਠਜੋੜ ਹੋਣ ਦੀਆਂ ਚਰਚਾਵਾਂ ਬਾਰੇ ਸਪਸ਼ਟ ਕੀਤਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਸਭ ਸਪਸ਼ਟ ਹੋ ਜਾਵੇਗਾ। ਸੁਖਬੀਰ ਨੇ ਕਿਹਾ ਕਿ ਅਕਾਲੀ ਦਲ ਵਲੋਂ ਪੰਜਾਬ ਦੀਆਂ ਦੋ ਦੁਸ਼ਮਣ ਪਾਰਟੀਆਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਸਾਰੀਆਂ ਹਮ ਖਿਆਲੀ ਪਾਰਟੀਆਂ ਨਾਲ ਗੱਠਜੋੜ ਲਈ ਰਾਹ ਖੁੱਲੇ ਰੱਖੇ ਗਏ ਹਨ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਕਾਦੀਆ ਵਲੋਂ ਆਉਣ ਵਾਲੀਆਂ ਚੋਣਾਂ ਵਿੱਚ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਹੈ।
ਆਮ ਆਦਮੀ ਪਾਰਟੀ ਦੇ ਤਿੰਨ ਵਿਧਾਇਕਾਂ ਵੱਲੋਂ ਅਸਤੀਫਾ ਦੇਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਸzz. ਬਾਦਲ ਨੇ ਕਿਹਾ ਕਿ ਜਿਵੇਂ -ਜਿਵੇਂ ਵੋਟਾਂ ਦੇ ਦਿਨ ਨੇੜੇ ਆਉਣਗੇ ਉਵੇਂ ਉਵੇਂ ਬਹੁਤ ਸਾਰੇ ਵਿਧਾਇਕ ਤੇ ਆਗੂ ਆਪ ਨੂੰ ਛੱਡ ਦੇਣਗੇ। ਉਹਨਾਂ ਕਿਹਾ ਕਿ ਆਪ ਵੱਲੋਂ ਆਪਣੇ ਵਿਧਾਇਕਾਂ ਅਤੇ ਆਗੂਆਂ ਨੂੰ ਡਰਾਇਆ ਹੋਇਆ ਹੈ ਜਿਸ ਕਰਕੇ ਉਹ ਬੋਲਣ ਤੋਂ ਡਰਦੇ ਹਨ।
ਸz ਬਾਦਲ ਨੇ ਦਾਅਵਾ ਕੀਤਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਪ ਨੂੰ ਮਸਾ ਦੋ ਚਾਰ ਸੀਟਾਂ ਹੀ ਮਿਲ ਸਕਦੀਆਂ ਹਨ। ਉਹਨਾਂ ਕਿਹਾ ਕਿ ਆਪ ਮੁੱਖ ਮੰਤਰੀ ਭਗਵੰਤ ਮਾਨ ਧੂਰੀ ਤੋਂ ਬਹੁਤ ਵੱਡੇ ਫਰਕ ਨਾਲ ਚੋਣ ਹਾਰ ਜਾਣਗੇ।
ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕ ਅਜਿਹੀ ਖੇਤਰੀ ਪਾਰਟੀ ਹੈ ਜਿਹੜੀ ਕਿਸਾਨਾਂ ਅਤੇ ਕਿਸਾਨੀ ਦੇ ਨਾਲ ਖੜੀ ਹੈ। ਇਸ ਮੌਕੇ ਹਰਮੀਤ ਸਿੰਘ ਕਾਦੀਆਂ ਨੇ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਉਨਾਂ ਦੀ ਪਾਰਟੀ ਦੇ ਸਿਆਸੀ ਵਿੰਗ ਨੇ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਕਿਸਾਨੀ ਮਸਲਿਆਂ ਨੂੰ ਲੈ ਕੇ ਗੱਲਬਾਤ ਕੀਤੀ ਸੀ ਪਰ ਕਿਸੇ ਨੇ ਕੋਈ ਭਰੋਸਾ ਨਹੀਂ ਦਿੱਤਾ ਜਦੋਂ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੀ ਸਰਕਾਰ ਬਣਨ ਤੇ ਕਿਸਾਨੀ ਮਸਲਿਆਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਦਾ ਭਰੋਸਾ ਦਿੱਤਾ ਇਸ ਸਦਕਾ ਭਾਰਤੀ ਕਿਸਾਨ ਯੂਨੀਅਨ ਨੇ ਇਹ ਕਦਮ ਚੁੱਕਿਆ ਹੈ। ਕਾਦੀਆਂ ਨੇ ਇਹ ਵੀ ਕਿਹਾ ਕਿ ਉਹ ਸੰਯੁਕਤ ਕਿਸਾਨ ਮੋਰਚਾ ਦੇ ਹੋਰ ਆਗੂਆਂ ਨੂੰ ਵੀ ਖੇਤਰੀ ਪਾਰਟੀ ਦਾ ਸਮਰਥਨ ਕਰਨ ਦੀ ਅਪੀਲ ਕਰਨਗੇ ਪਰ ਇਹ ਹੈ ਕਿ ਹਰੇਕ ਪਾਰਟੀ ਦਾ ਆਪਣਾ ਆਪਣਾ ਸੰਵਿਧਾਨ ਤੇ ਸਟੈਂਡ ਹੁੰਦਾ ਹੈ।
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
National2 months agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International4 weeks agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
