Connect with us

Punjab

ਸੰਗਰੂਰ ਤੋਂ ਚੱਲੀ ਪੀ ਆਰ ਟੀ ਸੀ ਬੱਸ ਓਵਰਬ੍ਰਿਜ ਨਾਲ ਟਕਰਾ ਕੇ ਖੇਤਾਂ ਵਿੱਚ ਪਲਟੀ

Published

on

ਤਿੰਨ ਵਿਅਕਤੀਆਂ ਦੀ ਮੌਤ, ਦੋ ਦਰਜਨ ਤੋਂ ਵੱਧ ਯਾਤਰੀ ਜ਼ਖ਼ਮੀ

ਸੰਗਰੂਰ, 11 ਨਵੰਬਰ (ਸ.ਬ.) ਸੰਗਰੂਰ ਤੋਂ ਸਵੇਰੇ ਸਵਾਰੀਆਂ ਲੈ ਕੇ ਰਵਾਨਾ ਹੋਈ ਪੀ ਆਰ ਟੀ ਸੀ ਦੀ ਇੱਕ ਬੱਸ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਕੁਝ ਕਿਲੋਮੀਟਰ ਦੀ ਦੂਰੀ ਤੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਨੇੜੇ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਓਵਰਬ੍ਰਿਜ ਨੇੜੇ ਬੱਸ ਅਚਾਨਕ ਬੇਕਾਬੂ ਹੋ ਕੇ ਪੁਲ ਨਾਲ ਟਕਰਾ ਗਈ ਅਤੇ ਸੜਕ ਕਿਨਾਰੇ ਖੇਤਾਂ ਵਿੱਚ ਜਾ ਡਿੱਗੀ। ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਦਰਜਨ ਤੋਂ ਵੱਧ ਯਾਤਰੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਸੰਗਰੂਰ ਲਿਆਂਦਾ ਗਿਆ, ਜਿੱਥੋਂ 10 ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ। ਬਾਕੀ ਜ਼ਖ਼ਮੀਆਂ ਦਾ ਇਲਾਜ ਸਥਾਨਕ ਸਿਵਲ ਹਸਪਤਾਲ ਵਿੱਚ ਚੱਲ ਰਿਹਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਪੀ ਆਰ ਟੀ ਸੀ ਦੀ ਇਹ ਬੱਸ ਸਵੇਰੇ ਸੰਗਰੂਰ ਤੋਂ ਸਵਾਰੀਆਂ ਲੈ ਕੇ ਚੰਡੀਗੜ੍ਹ ਲਈ ਰਵਾਨਾ ਹੋਈ ਸੀ। ਰਸਤੇ ਵਿੱਚ ਓਵਰਬ੍ਰਿਜ ਨੇੜੇ ਬੱਸ ਅਚਾਨਕ ਚਾਲਕ ਦੇ ਕਾਬੂ ਤੋਂ ਬਾਹਰ ਹੋ ਗਈ। ਪਹਿਲਾਂ ਬੱਸ ਓਵਰਬ੍ਰਿਜ ਨਾਲ ਟਕਰਾਈ ਅਤੇ ਇਸ ਤੋਂ ਬਾਅਦ ਸੜਕ ਕਿਨਾਰੇ ਖੇਤਾਂ ਵਿੱਚ ਪਲਟ ਗਈ। ਹਾਦਸੇ ਤੋਂ ਬਾਅਦ ਮੌਕੇ ਤੇ ਚੀਕ-ਚਿਹਾੜਾ ਪੈ ਗਿਆ।

ਸੂਚਨਾ ਮਿਲਦੇ ਹੀ ਪੁਲੀਸ ਟੀਮ ਮੌਕੇ ਤੇ ਪਹੁੰਚ ਗਈ ਅਤੇ ਰਾਹਗੀਰਾਂ ਦੀ ਮਦਦ ਨਾਲ ਬਚਾਅ ਕਾਰਜ ਸ਼ੁਰੂ ਕਰਵਾਇਆ। ਐਂਬੂਲੈਂਸਾਂ ਰਾਹੀਂ ਜ਼ਖ਼ਮੀਆਂ ਨੂੰ ਤੁਰੰਤ ਨੇੜਲੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਪੁਲੀਸ ਅਧਿਕਾਰੀ ਮੇਹਰ ਸਿੰਘ ਨੇ ਦੱਸਿਆ ਕਿ ਹਾਦਸੇ ਦਾ ਸ਼ਿਕਾਰ ਹੋਈ ਬੱਸ ਪੀ ਆਰ ਟੀ ਸੀ ਦੀ ਸੀ ਅਤੇ ਸਵੇਰੇ ਬੱਸ ਵਿੱਚ ਕਾਫ਼ੀ ਯਾਤਰੀ ਸਵਾਰ ਸਨ। ਉਨ੍ਹਾਂ ਦੱਸਿਆ ਕਿ ਹਾਦਸੇ ਸਮੇਂ ਮੌਸਮ ਸਾਫ਼ ਸੀ ਅਤੇ ਧੁੰਦ ਨਹੀਂ ਸੀ। ਮੁੱਢਲੀ ਜਾਣਕਾਰੀ ਅਤੇ ਚਸ਼ਮਦੀਦਾਂ ਦੇ ਬਿਆਨਾਂ ਅਨੁਸਾਰ ਬੱਸ ਤੇਜ਼ ਰਫ਼ਤਾਰ ਨਾਲ ਜਾ ਰਹੀ ਸੀ। ਪੁਲੀਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਸਿਵਲ ਹਸਪਤਾਲ ਦੇ ਐਸ ਐਮ ਓ ਡਾ. ਵਿਨੋਦ ਕੁਮਾਰ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਜ਼ਖ਼ਮੀਆਂ ਨੂੰ ਹਸਪਤਾਲ ਲਿਆਂਦਾ ਗਿਆ ਸੀ। ਇਨ੍ਹਾਂ ਵਿੱਚੋਂ ਤਿੰਨ ਲੋਕਾਂ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੀਆਂ ਲਾਸ਼ਾਂ ਹਸਪਤਾਲ ਦੀ ਮੁਰਦਾਘਰ ਵਿੱਚ ਰਖਵਾ ਦਿੱਤੀਆਂ ਗਈਆਂ ਹਨ। ਗੰਭੀਰ ਰੂਪ ਵਿੱਚ ਜ਼ਖ਼ਮੀ 10 ਮਰੀਜ਼ਾਂ ਨੂੰ ਬਿਹਤਰ ਇਲਾਜ ਲਈ 108 ਐਂਬੂਲੈਂਸ ਰਾਹੀਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰੈਫ਼ਰ ਕੀਤਾ ਗਿਆ ਹੈ। ਇਸ ਸਬੰਧੀ ਪਟਿਆਲਾ ਪ੍ਰਸ਼ਾਸਨ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਬਾਕੀ 11 ਜ਼ਖ਼ਮੀਆਂ ਦਾ ਇਲਾਜ ਸਥਾਨਕ ਹਸਪਤਾਲ ਵਿੱਚ ਜਾਰੀ ਹੈ। ਉਨ੍ਹਾਂ ਦੀ ਸਿਹਤ ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

Continue Reading

Mohali

ਮੁਹਾਲੀ ਦੀ ਸੀ ਬੀ ਆਈ ਅਦਾਲਤ ਵਲੋਂ 34 ਸਾਲ ਪੁਰਾਣੇ ਅਗਵਾ ਤੇ ਲਾਪਤਾ ਮਾਮਲੇ ਵਿੱਚ ਸਾਬਕਾ ਐਸ ਐਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

Published

on

By

ਭਲਕੇ ਸੁਣਾਈ ਜਾਵੇਗੀ ਸਜ਼ਾ

ਐਸ ਏ ਐਸ ਨਗਰ, 11 ਨਵੰਬਰ (ਸ.ਬ.) ਮੁਹਾਲੀ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਵੱਲੋਂ ਸਾਲ 1992 ਦੇ ਇੱਕ ਵਿਅਕਤੀ ਨੂੰ ਅਗਵਾ ਕਰਨ ਅਤੇ ਭੇਦਭਰੇ ਹਾਲਾਤਾਂ ਵਿੱਚ ਲਾਪਤਾ ਕਰਨ ਦੇ ਬਹੁ-ਚਰਚਿਤ ਮਾਮਲੇ ਵਿੱਚ ਪੰਜਾਬ ਪੁਲੀਸ ਦੇ ਸਾਬਕਾ ਐਸ. ਐਸ. ਪੀ. ਗੁਰਮੀਤ ਸਿੰਘ ਰੰਧਾਵਾ ਨੂੰ ਦੋਸ਼ੀ ਕਰਾਰ ਦਿੱਤਾ ਹੈ। ਮਾਣਯੋਗ ਅਦਾਲਤ ਨੇ ਇਸ ਮਾਮਲੇ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਪਰਮਿੰਦਰਜੀਤ ਸਿੰਘ (ਜੋ ਐਸ ਐਸ ਪੀ ਦਾ ਸੁਰੱਖਿਆ ਗਾਰਡ ਸੀ) ਨੂੰ ਸ਼ੱਕ ਦਾ ਲਾਭ ਦਿੰਦਿਆਂ ਬਰੀ ਕਰ ਦਿੱਤਾ ਗਿਆ ਹੈ।

ਪੀੜਤ ਪਰਿਵਾਰ ਵੱਲੋਂ ਇਸ ਕੇਸ ਦੀ ਪੈਰਵੀ ਕਰ ਰਹੇ ਵਕੀਲਾਂ ਐਡਵੋਕੇਟ ਸਰਬਜੀਤ ਸਿੰਘ, ਜਗਜੀਤ ਸਿੰਘ ਅਤੇ ਪੁਸ਼ਪਿੰਦਰ ਸਿੰਘ ਨੱਤ ਨੇ ਦੱਸਿਆ ਕਿ ਦੋਸ਼ੀ ਸਾਬਕਾ ਐਸ ਐਸ ਪੀ ਰੰਧਾਵਾ ਨੂੰ ਵੀਰਵਾਰ 12 ਨਵੰਬਰ ਨੂੰ ਸਜ਼ਾ ਸੁਣਾਈ ਜਾਵੇਗੀ। ਇਸ ਮਾਮਲੇ ਵਿੱਚ ਉਕਤ ਅਧਿਕਾਰੀ ਨੇ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਅਦਾਲਤ ਵਿੱਚੋਂ ਰਿਕਾਰਡ ਵੀ ਗਾਇਬ ਕਰਵਾ ਦਿੱਤਾ ਪ੍ਰੰਤੂ ਅਦਾਲਤ ਦੀ ਸਖ਼ਤੀ ਤੋਂ ਬਾਅਦ ਨਵੇਂ ਸਿਰਿਓ ਗੁੰਮ ਕੀਤੇ ਜਾਂ ਕਰਵਾਏ ਰਿਕਾਰਡ ਵੀ ਨਵੀਂ ਫਾਈਲ ਤਿਆਰ ਕਰਵਾਈ ਗਈ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ 25 ਨਵੰਬਰ 1992 ਦਾ ਹੈ, ਜਦੋਂ ਲੁਧਿਆਣਾ ਦੇ ਪ੍ਰਸਿੱਧ ਟ੍ਰਾਂਸਪੋਰਟਰ ਅਮਰੀਕ ਸਿੰਘ ਸਕਰੀ ਨੂੰ ਲੁਧਿਆਣਾ ਵਿਖੇ ਇੱਕ ਵਿਆਹ ਸਮਾਗਮ ਦੇ ਦੌਰਾਨ ਪੁਲੀਸ ਟੀਮ ਵੱਲੋਂ ਜ਼ਬਰਦਸਤੀ ਚੁੱਕ ਲਿਆ ਗਿਆ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਉਸ ਤੋਂ ਬਾਅਦ ਅਮਰੀਕ ਸਿੰਘ ਸਕਰੀ ਦਾ ਕੋਈ ਪਤਾ ਨਹੀਂ ਲੱਗ ਸਕਿਆ ਅਤੇ ਉਹ ਭੇਦਭਰੇ ਹਾਲਾਤਾਂ ਵਿੱਚ ਲਾਪਤਾ ਹੋ ਗਏ।

ਪਰਿਵਾਰ ਵੱਲੋਂ ਇਨਸਾਫ਼ ਲਈ ਲੰਮੇ ਸਮੇਂ ਤੱਕ ਕਾਨੂੰਨੀ ਲੜਾਈ ਲੜੀ ਗਈ। ਪੁਲੀਸ ਪ੍ਰਸ਼ਾਸਨ ਅਤੇ ਸਥਾਨਕ ਕਾਰਵਾਈ ਤੋਂ ਨਿਰਾਸ਼ ਹੋ ਕੇ ਜਦੋਂ ਇਹ ਮਾਮਲਾ ਉੱਚ ਅਦਾਲਤਾਂ ਦੇ ਧਿਆਨ ਵਿੱਚ ਆਇਆ, ਤਾਂ ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਇਸ ਦੀ ਤਫ਼ਤੀਸ਼ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਦੇ ਹਵਾਲੇ ਕੀਤੀ ਗਈ ਸੀ।

ਸੀਬੀਆਈ ਨੇ ਆਪਣੀ ਤਫ਼ਤੀਸ਼ ਦੌਰਾਨ ਪਾਇਆ ਸੀ ਕਿ ਘਟਨਾ ਦੇ ਸਮੇਂ ਪੁਲੀਸ ਅਧਿਕਾਰੀ ਗੁਰਮੀਤ ਸਿੰਘ ਰੰਧਾਵਾ ਅਤੇ ਹੋਰ ਪੁਲੀਸ ਕਰਮਚਾਰੀ ਇਸ ਗੈਰਕਾਨੂੰਨੀ ਹਿਰਾਸਤ ਅਤੇ ਅਗਵਾ ਦੀ ਕਾਰਵਾਈ ਵਿੱਚ ਸਿੱਧੇ ਤੌਰ ਤੇ ਸ਼ਾਮਲ ਸਨ। ਸੀ ਬੀ ਆਈ ਨੇ ਅਦਾਲਤ ਵਿੱਚ ਠੋਸ ਸ਼ਾਹਦੀਆਂ, ਚਸ਼ਮਦੀਦ ਗਵਾਹਾਂ ਦੇ ਬਿਆਨ ਅਤੇ ਦਸਤਾਵੇਜ਼ੀ ਸਬੂਤ ਪੇਸ਼ ਕੀਤੇ। ਲੰਮੀ ਸੁਣਵਾਈ ਅਤੇ ਦੋਵਾਂ ਧਿਰਾਂ ਦੀਆਂ ਬਹਿਸਾਂ ਸੁਣਨ ਤੋਂ ਬਾਅਦ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਨੇ ਪੁਲੀਸ ਅਧਿਕਾਰੀ ਗੁਰਮੀਤ ਸਿੰਘ ਰੰਧਾਵਾ ਨੂੰ ਅਗਵਾ ਕਰਨ ਅਤੇ ਲਾਪਤਾ ਕਰਨ ਦੇ ਦੋਸ਼ਾਂ ਤਹਿਤ ਦੋਸ਼ੀ ਗਰਦਾਨਿਆ।

ਦੂਜੇ ਪਾਸੇ, ਮਾਮਲੇ ਦੇ ਦੂਜੇ ਨਾਮਜ਼ਦ ਪਰਮਿੰਦਰਜੀਤ ਸਿੰਘ ਖਿਲਾਫ਼ ਪੂਰੇ ਸਬੂਤ ਨਾ ਹੋਣ ਕਾਰਨ ਅਦਾਲਤ ਨੇ ਉਸ ਨੂੰ ਸ਼ੱਕ ਦਾ ਲਾਭ ਦਿੰਦਿਆਂ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਹਨ। ਪੀੜਤ ਪਰਿਵਾਰ ਪਿਛਲੇ 34 ਸਾਲਾਂ ਤੋਂ ਆਪਣੇ ਪਰਿਵਾਰਕ ਮੈਂਬਰ ਦੇ ਇਨਸਾਫ਼ ਲਈ ਅਦਾਲਤਾਂ ਦੇ ਚੱਕਰ ਕੱਟ ਰਿਹਾ ਸੀ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਪੀੜਤ ਪਰਿਵਾਰ ਨੇ ਰਾਹਤ ਦਾ ਸਾਹ ਲਿਆ ਹੈ। ਇਸ ਮਾਮਲੇ ਵਿੱਚ ਵੀਰਵਾਰ ਨੂੰ ਸਜ਼ਾ ਦਾ ਐਲਾਨ ਕੀਤਾ ਜਾਵੇਗਾ।

Continue Reading

Chandigarh

ਪੰਜਾਬ ਵਿੱਚ ਭਲਕੇ ਤੋਂ ਬਦਲੇਗਾ ਮੌਸਮ

Published

on

By

8 ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਨਾਲ ਹਲਕੀ ਬਾਰਿਸ਼ ਦੇ ਆਸਾਰ

ਚੰਡੀਗੜ੍ਹ, 11 ਨਵੰਬਰ (ਸ.ਬ.) ਪੰਜਾਬ ਵਿਚ ਪਿਛਲੇ 10 ਦਿਨਾਂ ਤੋਂ ਮੌਸਮ ਖੁਸ਼ਕ ਚੱਲ ਰਿਹਾ ਹੈ ਅਤੇ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਭਲਕੇ ਵੀਰਵਾਰ ਤੋਂ ਸੂਬੇ ਦੇ ਮੌਸਮ ਵਿਚ ਤਬਦੀਲੀ ਆਵੇਗੀ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਵਿਗਿਆਨੀ ਡਾ. ਵਰੁਣ ਵਿਸ਼ਵਾਸ ਮੁਤਾਬਕ ਪੱਛਮੀ ਗੜਬੜੀ ਸਰਗਰਮ ਹੈ, ਜਿਸ ਦਾ ਅਸਰ ਪੰਜਾਬ ਵਿਚ ਵੀ ਦੇਖਣ ਨੂੰ ਮਿਲੇਗਾ। ਉਹਨਾਂ ਅਨੁਸਾਰ 12 ਨਵੰਬਰ ਨੂੰ ਗੁਰਦਾਸਪੁਰ, ਤਰਨਤਾਰਨ, ਅੰਮ੍ਰਿਤਸਰ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਰੋਪੜ ਅਤੇ ਪਠਾਨਕੋਟ ਵਿਚ ਤੇਜ਼ ਹਵਾਵਾਂ ਨਾਲ ਹਲਕੀ ਬਾਰਿਸ਼ ਹੋ ਸਕਦੀ ਹੈ। 13 ਨਵੰਬਰ ਨੂੰ ਗੁਰਦਾਸਪੁਰ, ਪਠਾਨਕੋਟ, ਰੋਪੜ ਅਤੇ ਹੁਸ਼ਿਆਰਪੁਰ ਵਿਚ ਮੀਂਹ ਪੈਣ ਦੇ ਆਸਾਰ ਹਨ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਹੋਰਨਾਂ ਜ਼ਿਲ੍ਹਿਆਂ ਵਿਚ ਵੀ ਬੱਦਲ ਛਾਏ ਰਹਿ ਸਕਦੇ ਹਨ ਜਾਂ ਕਿਣਮਿਣ ਹੋ ਸਕਦੀ ਹੈ। ਫਿਰ 14 ਨਵੰਬਰ ਤੋਂ ਮੌਸਮ ਸਾਫ਼ ਹੋ ਜਾਵੇਗਾ।

Continue Reading

Mohali

ਮੁਹਾਲੀ ਦੇ ਉਦਯੋਗਪਤੀਆਂ ਨਾਲ ਮੁਲਾਕਾਤ ਨਾਲ ਆਰੰਭ ਹੋਈ ਕਾਂਗਰਸ ਦੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪ੍ਰਗਟ ਸਿੰਘ ਤੇ ਪ੍ਰਤਾਪ ਬਾਜਵਾ ਅੱਗੇ ਉਦਯੋਗਪਤੀਆਂ ਨੇ ਰੱਖਿਆ ਸਮੱਸਿਆਵਾਂ ਦਾ ਚਿੱਠਾ

Published

on

By

ਗੈਂਗਸਟਰਵਾਦ, ਨਸ਼ੇ, ਬਿਜਲੀ, ਸੀਵਰੇਜ ਤੇ ਬੁਨਿਆਦੀ ਢਾਂਚੇ ਦੀ ਘਾਟ ਬਣੀ ਉਦਯੋਗਿਕ ਵਿਕਾਸ ਵਿੱਚ ਰੁਕਾਵਟ

ਐਸ ਏ ਐਸ ਨਗਰ, 11 ਨਵੰਬਰ (ਸ.ਬ.) ਪੰਜਾਬ ਕਾਂਗਰਸ ਵੱਲੋਂ ਸ਼ੁਰੂ ਕੀਤੀ ਗਈ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਦੇ ਪਹਿਲੇ ਪ੍ਰੋਗਰਾਮ ਤਹਿਤ ਮੁਹਾਲੀ ਵਿਖੇ ਸ਼ਹਿਰ ਦੇ ਪ੍ਰਮੁੱਖ ਉਦਯੋਗਪਤੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਸਾਬਕਾ ਡਿਪਟੀ ਮੇਅਰ ਅਤੇ ਤਿੰਨ ਵਾਰ ਕੌਂਸਲਰ ਰਹਿ ਚੁੱਕੇ ਕੁਲਜੀਤ ਸਿੰਘ ਬੇਦੀ ਵੱਲੋਂ ਕਰਵਾਈ ਗਈ ਇਸ ਮੀਟਿੰਗ ਵਿੱਚ ਮੁਹਾਲੀ ਦੇ ਉਦਯੋਗਪਤੀਆਂ ਨੇ ਆਪਣੇ ਕਾਰੋਬਾਰ ਨਾਲ ਜੁੜੀਆਂ ਮੁਸ਼ਕਲਾਂ, ਸਰਕਾਰੀ ਸਿਸਟਮ ਵਿੱਚ ਆ ਰਹੀਆਂ ਰੁਕਾਵਟਾਂ, ਉਦਯੋਗਿਕ ਵਿਕਾਸ ਅਤੇ ਪੰਜਾਬ ਵਿੱਚ ਨਿਵੇਸ਼ ਦੇ ਮਾਹੌਲ ਬਾਰੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਦੇ ਹੋਰਨਾਂ ਸੀਨੀਅਰ ਆਗੂਆਂ ਨਾਲ ਵਿਚਾਰ ਸਾਂਝੇ ਕੀਤੇ।

ਉਦਯੋਗਪਤੀਆਂ ਨੇ ਗੈਂਗਸਟਰਵਾਦ, ਫਿਰੌਤੀ ਅਤੇ ਨਸ਼ਿਆਂ ਦੀ ਸਮੱਸਿਆ ਨੂੰ ਪੰਜਾਬ ਦੇ ਭਵਿੱਖ ਲਈ ਗੰਭੀਰ ਚਿੰਤਾ ਦੱਸਦਿਆਂ ਕਿਹਾ ਕਿ ਜਦੋਂ ਤੱਕ ਕਾਰੋਬਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੁਰੱਖਿਆ ਯਕੀਨੀ ਨਹੀਂ ਬਣਦੀ, ਉਦੋਂ ਤੱਕ ਨਵੇਂ ਨਿਵੇਸ਼ ਨੂੰ ਉਤਸ਼ਾਹਿਤ ਕਰਨਾ ਮੁਸ਼ਕਲ ਹੈ। ਮੀਟਿੰਗ ਦੌਰਾਨ ਉਦਯੋਗਪਤੀਆਂ ਨੇ ਮੁਹਾਲੀ ਦੇ ਬੁਨਿਆਦੀ ਢਾਂਚੇ ਦੀ ਮਾੜੀ ਸਥਿਤੀ ਨੂੰ ਉਦਯੋਗਿਕ ਵਿਕਾਸ ਵਿੱਚ ਵੱਡੀ ਰੁਕਾਵਟ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਮੁਹਾਲੀ ਨੂੰ ਆਈਟੀ ਅਤੇ ਉਦਯੋਗਿਕ ਹੱਬ ਵਜੋਂ ਵਿਕਸਤ ਕਰਨ ਦੇ ਦਾਅਵਿਆਂ ਦੇ ਬਾਵਜੂਦ ਸ਼ਹਿਰ ਅਜੇ ਵੀ ਕਈ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਹੈ।

ਉਦਯੋਗਪਤੀਆਂ ਵੱਲੋਂ ਉਠਾਏ ਗਏ ਮੁੱਖ ਮੁੱਦਿਆਂ ਵਿੱਚ ਉਦਯੋਗਾਂ ਲਈ ਨਿਰਵਿਘਨ ਬਿਜਲੀ ਸਪਲਾਈ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ, ਸ਼ਹਿਰ ਵਾਸਤੇ ਢੁੱਕਵੇਂ ਬੱਸ ਸਟੈਂਡ ਦੀ ਘਾਟ, ਅੰਤਰਰਾਸ਼ਟਰੀ ਹਵਾਈ ਅੱਡਾ ਹੋਣ ਦੇ ਬਾਵਜੂਦ ਕਈ ਵਿਦੇਸ਼ੀ ਮੰਜ਼ਿਲਾਂ ਲਈ ਸਿੱਧੀਆਂ ਉਡਾਣਾਂ ਦੀ ਘਾਟ, ਸੀਵਰੇਜ ਪ੍ਰਬੰਧ ਅਤੇ ਪਾਣੀ ਦੀ ਸਪਲਾਈ ਨਾਲ ਜੁੜੀਆਂ ਸਮੱਸਿਆਵਾਂ, ਬਰਸਾਤੀ ਪਾਣੀ ਦੀ ਨਿਕਾਸੀ ਲਈ ਢੁੱਕਵੇਂ ਪ੍ਰਬੰਧਾਂ ਦੀ ਘਾਟ, ਗੈਂਗਸਟਰਵਾਦ ਅਤੇ ਫਿਰੌਤੀ, ਨਸ਼ਿਆਂ ਦੀ ਸਮੱਸਿਆ ਆਦਿ ਮੁੱਖ ਸਨ। ਉਦਯੋਗਪਤੀਆਂ ਦਾ ਕਹਿਣਾ ਸੀ ਕਿ ਜੇਕਰ ਮੋਹਾਲੀ ਨੂੰ ਅਸਲ ਮਾਇਨਿਆਂ ਵਿੱਚ ਉਦਯੋਗਿਕ ਅਤੇ ਵਪਾਰਕ ਕੇਂਦਰ ਬਣਾਉਣਾ ਹੈ ਤਾਂ ਸਿਰਫ਼ ਵੱਡੇ ਪ੍ਰੋਜੈਕਟਾਂ ਦੇ ਐਲਾਨ ਕਾਫ਼ੀ ਨਹੀਂ ਹੋਣਗੇ, ਸਗੋਂ ਬਿਜਲੀ, ਆਵਾਜਾਈ, ਪਾਣੀ, ਸੀਵਰੇਜ ਅਤੇ ਡਰੇਨੇਜ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਵੀ ਮਜ਼ਬੂਤ ਕਰਨਾ ਪਵੇਗਾ।

ਉਦਯੋਗਪਤੀਆਂ ਦੀਆਂ ਸਮੱਸਿਆਵਾਂ ਨੂੰ ਸੁਣਨ ਤੋਂ ਬਾਅਦ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਨੇ ਕਿਹਾ ਕਿ ਪੰਜਾਬ ਕੋਲ ਕੁਦਰਤੀ ਸਰੋਤਾਂ ਦੇ ਨਾਲ-ਨਾਲ ਕਾਬਲ ਮਨੁੱਖੀ ਸ਼ਕਤੀ ਦੀ ਵੀ ਕੋਈ ਕਮੀ ਨਹੀਂ ਹੈ, ਪਰ ਸਹੀ ਪ੍ਰਬੰਧਨ ਅਤੇ ਪ੍ਰਭਾਵਸ਼ਾਲੀ ਸਿਸਟਮ ਦੀ ਘਾਟ ਕਾਰਨ ਇਨ੍ਹਾਂ ਸਰੋਤਾਂ ਦਾ ਪੂਰਾ ਲਾਭ ਨਹੀਂ ਮਿਲ ਰਿਹਾ। ਆਪਣੇ ਮੰਤਰੀ ਕਾਲ ਦਾ ਹਵਾਲਾ ਦਿੰਦਿਆਂ ਉਹਨਾਂ ਕਿਹਾ ਕਿ ਉਦਯੋਗਪਤੀਆਂ ਅਤੇ ਸਿੱਖਿਆ ਖੇਤਰ ਨਾਲ ਜੁੜੇ ਮਾਹਿਰਾਂ ਨਾਲ ਹੋਈਆਂ ਮੀਟਿੰਗਾਂ ਦੌਰਾਨ ਇਹ ਗੱਲ ਸਾਹਮਣੇ ਆਈ ਸੀ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਅਤੇ ਉਦਯੋਗਾਂ ਦੀਆਂ ਲੋੜਾਂ ਵਿਚਕਾਰ ਵੱਡਾ ਪਾੜਾ ਹੈ। ਨੌਜਵਾਨ ਪੜ੍ਹਾਈ ਤਾਂ ਕਰ ਰਹੇ ਹਨ, ਪਰ ਉਨ੍ਹਾਂ ਨੂੰ ਉਦਯੋਗਾਂ ਦੀ ਲੋੜ ਮੁਤਾਬਕ ਹੁਨਰ ਅਤੇ ਰੁਜ਼ਗਾਰ ਦੇ ਮੌਕੇ ਨਹੀਂ ਮਿਲ ਰਹੇ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਅਨੁਸਾਰ ਸਿੱਖਿਆ ਦੇ ਪਾਠਕ੍ਰਮ ਨੂੰ ਮੁੜ ਤਿਆਰ ਕਰਨ ਅਤੇ ਉਦਯੋਗਾਂ ਨਾਲ ਜੋੜਨ ਦੀ ਲੋੜ ਹੈ, ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਸੂਬੇ ਵਿੱਚ ਹੀ ਵਧੀਆ ਰੁਜ਼ਗਾਰ ਮਿਲ ਸਕੇ।

ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਉਦਯੋਗ ਅਤੇ ਕਾਰੋਬਾਰ ਨੂੰ ਪ੍ਰਫੁੱਲਿਤ ਕਰਨ ਲਈ ਸਭ ਤੋਂ ਪਹਿਲਾਂ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਕਰਨੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਉਦਯੋਗਪਤੀ ਲਈ ਆਪਣੇ ਪਰਿਵਾਰ, ਕਾਰੋਬਾਰ ਅਤੇ ਨਿਵੇਸ਼ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੁੰਦੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਉਦਯੋਗਿਕ ਤਰੱਕੀ ਲਈ ਸਭ ਤੋਂ ਪਹਿਲੀ ਲੋੜ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਕਾਰੋਬਾਰੀਆਂ, ਉਨ੍ਹਾਂ ਦੇ ਪਰਿਵਾਰਾਂ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦਾ ਭਰੋਸਾ ਪੈਦਾ ਕਰਨਾ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਕਾਂਗਰਸ ਨੂੰ ਪੰਜਾਬ ਵਿੱਚ ਸਰਕਾਰ ਬਣਾਉਣ ਦਾ ਮੌਕਾ ਮਿਲਦਾ ਹੈ ਤਾਂ ਗੈਂਗਸਟਰਵਾਦ ਅਤੇ ਫਿਰੌਤੀ ਦੇ ਨੈਟਵਰਕ ਖ਼ਿਲਾਫ਼ ਪਹਿਲੇ ਮਹੀਨੇ ਵਿੱਚ ਹੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲੀਸ ਪ੍ਰਸ਼ਾਸਨ ਦੀ ਜਵਾਬਦੇਹੀ ਤੈਅ ਕਰਨ ਦੀ ਲੋੜ ਤੇ ਜ਼ੋਰ ਦਿੰਦਿਆਂ ਉਹਨਾਂ ਕਿਹਾ ਕਿ ਗੈਂਗਸਟਰਾਂ ਦੀਆਂ ਗਤੀਵਿਧੀਆਂ ਨੂੰ ਰੋਕਣ ਲਈ ਪੁਲੀਸ ਪ੍ਰਬੰਧ ਵਿੱਚ ਵੀ ਜਵਾਬਦੇਹੀ ਲਿਆਉਣੀ ਪਵੇਗੀ।

ਪੰਜਾਬ ਦੀ ਆਰਥਿਕ ਸਥਿਤੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੀ ਸਾਲਾਨਾ ਆਮਦਨ ਲਗਭਗ 95 ਹਜ਼ਾਰ ਕਰੋੜ ਰੁਪਏ ਹੈ, ਜਦਕਿ ਖਰਚਾ ਲਗਭਗ 1.25 ਲੱਖ ਕਰੋੜ ਰੁਪਏ ਤੱਕ ਪਹੁੰਚਦਾ ਹੈ। ਉਨ੍ਹਾਂ ਅਨੁਸਾਰ ਇਸ ਵਿੱਤੀ ਪਾੜੇ ਨੂੰ ਘਟਾਉਣ ਲਈ ਇਮਾਨਦਾਰ ਪ੍ਰਸ਼ਾਸਨ, ਖਰਚਿਆਂ ਤੇ ਕਾਬੂ ਅਤੇ ਨਵੇਂ ਆਰਥਿਕ ਤੇ ਵਪਾਰਕ ਮੌਕੇ ਪੈਦਾ ਕਰਨੇ ਜ਼ਰੂਰੀ ਹਨ।

ਮੀਟਿੰਗ ਵਿੱਚ ਪੀ.ਜੇ. ਸਿੰਘ (ਟਾਇਨੋਰ), ਆਰ.ਐੱਸ. ਸਚਦੇਵਾ, ਹੈਡਨ ਕਲੀਨਿਕਸ ਦੇ ਨਵੀਨ ਕੁਮਾਰ, ਨਵਨੀਤ ਸਕਸੇਨਾ, ਪਵਨਦੀਪ ਸੇਠੀ, ਗੁਰਮੀਤ ਭਾਟੀਆ, ਹਰਿੰਦਰ ਪਾਲ ਸਿੰਘ ਬਿੱਲਾ, ਸੁਖਜੀਤ ਸਿੰਘ ਲਹਿਲ, ਜੀ.ਐਸ. ਰਿਆੜ, ਬੀ.ਐਸ. ਆਨੰਦ ਅਤੇ ਬੀ.ਐਸ. ਬੇਦੀ, ਅਸ਼ੋਕ ਗੁਪਤਾ ਪ੍ਰਧਾਨ ਮੁਹਾਲੀ ਇੰਡਸਟਰੀ ਐਸੋਸੀਏਸ਼ਨ, ਰਕੇਸ਼ ਵਿਜ, ਇਕਬਾਲ ਚੀਮਾ ਫਿਲਮ ਸਿਟੀ ਤੋਂ, ਐਨਐਸ ਬਰਾੜ, ਤੇਰਾ ਹੀ ਤੇਰਾ ਸੰਸਥਾ ਦੇ ਮੁਖੀ ਹਰਜੀਤ ਸਿੰਘ ਸੱਭਰਵਾਲ,ਕੇ ਐਸ ਮਾਹਲ, ਬਲਜੀਤ ਸਿੰਘ ਐਕਸ ਪ੍ਰਧਾਨ ਮੁਹਾਲੀ ਪ੍ਰੋਪਰਟੀ ਕੰਸਲਟੈਂਟ ਐਸੋਸੀਏਸ਼ਨ ਭੁਪਿੰਦਰ ਸਿੰਘ ਸਭਰਵਾਲ ਸਮੇਤ ਮੁਹਾਲੀ ਦੇ ਕਈ ਪ੍ਰਮੁੱਖ ਉਦਯੋਗਪਤੀਆਂ ਨੇ ਸ਼ਮੂਲੀਅਤ ਕੀਤੀ।

ਮੀਟਿੰਗ ਦੇ ਅੰਤ ਵਿੱਚ ਪ੍ਰਤਾਪ ਸਿੰਘ ਬਾਜਵਾ ਅਤੇ ਪ੍ਰਗਟ ਸਿੰਘ ਨੇ ਬੈਠਕ ਦਾ ਪ੍ਰਬੰਧ ਕਰਨ ਲਈ ਕੁਲਜੀਤ ਸਿੰਘ ਬੇਦੀ ਅਤੇ ਹੋਰ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਪੰਜਾਬ ਦੇ ਭਵਿੱਖ ਲਈ ਬੇਹੱਦ ਜ਼ਰੂਰੀ ਹੈ।

 

ਮੀਟਿੰਗ ਦੌਰਾਨ ਉਠੀ ਕੁਲਜੀਤ ਸਿੰਘ ਬੇਦੀ ਨੂੰ ਮੁਹਾਲੀ ਤੋਂ ਪਾਰਟੀ ਉਮੀਦਵਾਰ ਬਣਾਉਣ ਦੀ ਮੰਗ

ਕਾਂਗਰਸ ਪਾਰਟੀ ਦੀ ਪੰਜਾਬ ਮੰਗਦਾ ਇਨਸਾਫ ਮੀਟਿੰਗ ਦੌਰਾਨ ਮੁਹਾਲੀ ਦੇ ਉਦਯੋਗਪਤੀਆਂ ਨੇ ਸਾਬਕਾ ਡਿਪਟੀ ਮੇਅਰ ਅਤੇ ਤਿੰਨ ਵਾਰ ਕੌਂਸਲਰ ਰਹਿ ਚੁੱਕੇ ਕੁਲਜੀਤ ਸਿੰਘ ਬੇਦੀ ਦੀ ਕਾਂਗਰਸ ਪਾਰਟੀ ਵੱਲੋਂ ਮੁਹਾਲੀ ਵਿਧਾਨ ਸਭਾ ਤੋਂ ਟਿਕਟ ਲਈ ਜ਼ੋਰਦਾਰ ਪੈਰਵੀ ਕਰਦਿਆਂ ਕਿਹਾ ਕਿ ਮੁਹਾਲੀ ਦੀ ਜ਼ਮੀਨੀ ਹਕੀਕਤ ਨੂੰ ਸਮਝਣ ਵਾਲੇ ਅਤੇ ਇਲਾਕੇ ਦੇ ਲੋਕਾਂ ਦੇ ਹੱਕਾਂ ਲਈ ਲੜਨ ਵਾਲੇ ਕੁਅਜੀਤ ਸਿੰਘ ਬੇਦੀ ਨੂੰ ਪਾਰਟੀ ਵੱਲੋਂ ਬਣਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਉਦਯੋਗਪਤੀਆਂ ਨੇ ਕਿਹਾ ਕਿ ਕੁਲਜੀਤ ਸਿੰਘ ਬੇਦੀ ਇੱਕ ਤਜਰਬੇਕਾਰ, ਲੋਕਾਂ ਨਾਲ ਜੁੜੇ ਹੋਏ ਅਤੇ ਮੁਹਾਲੀ ਦੀਆਂ ਸਮੱਸਿਆਵਾਂ ਦੀ ਡੂੰਘੀ ਸਮਝ ਰੱਖਣ ਵਾਲੇ ਆਗੂ ਹਨ। ਉਹ ਇਲਾਕੇ ਦੀ ਹਰ ਛੋਟੀ-ਵੱਡੀ ਸਮੱਸਿਆ ਤੋਂ ਭਲੀ-ਭਾਂਤ ਜਾਣੂ ਹਨ ਅਤੇ ਉਨ੍ਹਾਂ ਦੇ ਹੱਲ ਲਈ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ।

Continue Reading

Latest News

Trending