Connect with us

Punjab

ਸ਼੍ਰੋਮਣੀ ਕਮੇਟੀ ਦੇ ਛੇਵੀਂ ਵਾਰ ਪ੍ਰਧਾਨ ਬਣੇ ਹਰਜਿੰਦਰ ਸਿੰਘ ਧਾਮੀ

Published

on

ਜਨਰਲ ਇਜਲਾਸ ਦੌਰਾਨ ਸਰਬਸੰਮਤੀ ਨਾਲ ਚੁਣੇ ਗਏ ਪ੍ਰਧਾਨ

ਅੰਮ੍ਰਿਤਸਰ, 20 ਨਵੰਬਰ (ਸ.ਬ.) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਰਬਸੰਮਤੀ ਨਾਲ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਸਬੰਧੀ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਏ ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇਦਾਰ ਵਜੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਮ ਪੇਸ਼ ਕੀਤਾ ਗਿਆ ਸੀ। ਉਨ੍ਹਾਂ ਦੇ ਵਿਰੋਧ ਵਿੱਚ ਕਿਸੇ ਹੋਰ ਉਮੀਦਵਾਰ ਦਾ ਨਾਂ ਪੇਸ਼ ਨਹੀਂ ਹੋਇਆ ਜਿਸ ਕਾਰਨ ਉਨ੍ਹਾਂ ਨੂੰ ਸਰਬਸੰਮਤੀ ਨਾਲ ਸਿੱਖ ਸੰਸਥਾ ਦਾ ਪ੍ਰਧਾਨ ਚੁਣ ਲਿਆ ਗਿਆ।

ਇਸ ਮੌਕੇ ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਬਖਸ਼ ਸਿੰਘ ਖਾਲਸਾ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਗੁਰਪ੍ਰੀਤ ਸਿੰਘ ਝੱਬਰ ਨੂੰ ਜਨਰਲ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ ਚੁਣੇ ਗਏ ਅੰਤ੍ਰਿੰਗ ਮੈਂਬਰ ਮੋਹਨ ਸਿੰਘ ਬੰਗੀ, ਬਾਵਾ ਸਿੰਘ ਗੁਮਾਨਪੁਰਾ, ਰਣਜੀਤ ਸਿੰਘ ਕਾਹਲੋਂ, ਨਵਤੇਜ ਸਿੰਘ ਕਾਉਣੀ, ਬੀਬੀ ਪਰਮਜੀਤ ਕੌਰ ਮੂਨਕ, ਰਾਵਿੰਦਰ ਸਿੰਘ ਖਾਲਸਾ, ਦਰਸ਼ਨ ਸਿੰਘ ਬਰਾੜ ਮੋਠਾਂਵਾਲੀ, ਚਰਨ ਸਿੰਘ ਆਲਮਗੀਰ, ਗੁਰਿੰਦਰਪਾਲ ਸਿੰਘ ਗੋਰਾ, ਕੁਲਦੀਪ ਸਿੰਘ ਨੱਸੂਪੁਰ, ਬੀਬੀ ਨਰਿੰਦਰ ਕੌਰ ਰਣੀਆ ਸ਼ਾਮਲ ਹਨ।

1956 ਵਿਚ ਜਨਮੇ ਐਡਵੋਕੇਟ ਹਰਜਿੰਦਰ ਸਿੰਘ ਬੀਏ, ਐਲ ਐਲ ਬੀ ਪਾਸ ਹਨ ਅਤੇ ਲੰਮੇ ਅਰਸੇ ਤੋਂ ਸ਼੍ਰੋਮਣੀ ਕਮੇਟੀ ਨਾਲ ਜੁੜੇ ਹੋਏ ਹਨ। ਉਹ 1996 ਵਿਚ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਣੇ ਸਨ ਅਤੇ ਉਦੋਂ ਤੋਂ ਹੁਣ ਤੱਕ ਲਗਾਤਾਰ ਮੈਂਬਰ ਬਣਦੇ ਰਹੇ ਹਨ। ਉਹ ਧਰਮ ਪ੍ਰਚਾਰ ਦੇ ਮੈਂਬਰ ਵੀ ਰਹੇ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰ ਵੀ ਬਣੇ। ਉਹਨਾਂ ਨੂੰ 2019 ਵਿਚ ਸ਼੍ਰੋਮਣੀ ਕਮੇਟੀ ਦਾ ਜਨਰਲ ਸਕੱਤਰ ਚੁਣਿਆ ਗਿਆ ਸੀ ਅਤੇ 2020 ਵਿਚ ਉਹਨਾਂ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਦੇ ਪ੍ਰਬੰਧਕੀ ਅਹੁਦੇ ਤੇ ਸੇਵਾ ਨਿਭਾਈ। ਉਸ ਮਗਰੋਂ ਨਵੰਬਰ 2021 ਵਿਚ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ ਅਤੇ ਹੁਣ ਇਸ ਅਹੁਦੇ ਉੱਤੇ ਲਗਾਤਾਰ ਛੇਵੀਂ ਵਾਰ ਚੁਣੇ ਗਏ ਹਨ।

ਜਨਰਲ ਇਜਲਾਸ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖਤ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਸਮੇਤ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਬੀਬੀ ਜਗੀਰ ਕੌਰ, ਅਲਵਿੰਦਰ ਪਾਲ ਸਿੰਘ ਪੱਖੋਕੇ ਤੇ ਹੋਰ ਮੈਂਬਰ ਹਾਜ਼ਰ ਹਨ।

Chandigarh

23 ਦਸੰਬਰ ਨੂੰ ਹੋਵੇਗੀ ਚੰਡੀਗੜ੍ਹ ਨਗਰ ਨਿਗਮ ਦੀ ਚੋਣ

Published

on

By

ਚੰਡੀਗੜ੍ਹ, , 20 ਨਵੰਬਰ (ਸ.ਬ.) ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਦਾ ਐਲਾਨ ਹੋ ਗਿਆ ਹੈ। ਸਟੇਟ ਚੋਣ ਕਮਿਸ਼ਨਰ ਡਾ. ਵਿਜੈ ਕੁਮਾਰ ਦੇਵ ਨੇ ਅੱਜ ਚੋਣ ਪ੍ਰੋਗਰਾਮ ਦਾ ਐਲਾਨ ਕਰਦਿਆਂ ਦੱਸਿਆ ਕਿ 23 ਦਸੰਬਰ ਨੂੰ ਵੋਟਾਂ ਪੈਣਗੀਆਂ ਤੇ 26 ਦਸੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਉਹਨਾਂ ਦੱਸਿਆ ਕਿ ਚੋਣ ਪ੍ਰਕਿਰਿਆ 31 ਦਸੰਬਰ ਤੱਕ ਮੁਕੰਮਲ ਕਰ ਲਈ ਜਾਵੇਗੀ। ਇਨ੍ਹਾਂ ਚੋਣਾਂ ਵਿੱਚ 4,60,262 ਵੋਟਰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨਗੇ। ਸ਼ਹਿਰ ਦੇ 35 ਵਾਰਡਾਂ ਲਈ 576 ਪੋਲਿੰਗ ਸਟੇਸ਼ਨ ਬਣਾਏ ਜਾਣਗੇ। ਚੋਣਾਂ ਦੇ ਐਲਾਨ ਦੇ ਨਾਲ ਹੀ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।

ਚੋਣ ਕਮਿਸ਼ਨਰ ਅਨੁਸਾਰ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 26 ਨਵੰਬਰ ਤੋਂ ਸ਼ੁਰੂ ਹੋਵੇਗੀ ਅਤੇ 3 ਦਸੰਬਰ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਸਕਣਗੇ। ਇਨ੍ਹਾਂ ਪੱਤਰਾਂ ਦੀ ਪੜਤਾਲ 4 ਦਸੰਬਰ ਨੂੰ ਹੋਵੇਗੀ, ਜਦਕਿ ਉਮੀਦਵਾਰ 7 ਦਸੰਬਰ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। ਇਸ ਤੋਂ ਬਾਅਦ ਚੋਣ ਮੈਦਾਨ ਵਿੱਚ ਰਹਿ ਗਏ ਉਮੀਦਵਾਰਾਂ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ। ਚੋਣਾਂ ਲੜਨ ਵਾਲੇ ਉਮੀਦਵਾਰਾਂ ਲਈ ਚੋਣ ਖ਼ਰਚ ਦੀ ਵੱਧ ਤੋਂ ਵੱਧ ਹੱਦ 7.5 ਲੱਖ ਰੁਪਏ ਤੈਅ ਕੀਤੀ ਗਈ ਹੈ। ਇਸ ਤੋਂ ਵੱਧ ਰਕਮ ਚੋਣ ਪ੍ਰਚਾਰ ਤੇ ਖ਼ਰਚ ਨਹੀਂ ਕੀਤੀ ਜਾ ਸਕੇਗੀ। ਚੰਡੀਗੜ੍ਹ ਨਗਰ ਨਿਗਮ ਵਿੱਚ ਕੁੱਲ 35 ਵਾਰਡ ਹਨ ਅਤੇ ਇਨ੍ਹਾਂ ਵਾਰਡਾਂ ਵਿੱਚੋਂ ਕੌਂਸਲਰ ਪੰਜ ਸਾਲ ਦੇ ਕਾਰਜਕਾਲ ਲਈ ਚੁਣੇ ਜਾਂਦੇ ਹਨ।

ਚੋਣ ਕਮਿਸ਼ਨ ਵੱਲੋਂ ਚੋਣ ਪ੍ਰਚਾਰ ਦੇ ਸਮੇਂ ਸਬੰਧੀ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਅਨੁਸਾਰ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਕਿਸੇ ਵੀ ਮਾਧਿਅਮ ਰਾਹੀਂ ਚੋਣ ਪ੍ਰਚਾਰ ਕਰਨ ਤੇ ਪਾਬੰਦੀ ਰਹੇਗੀ। ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਚੋਣ ਪ੍ਰਕਿਰਿਆ ਨੂੰ ਨਿਰਧਾਰਤ ਸਮਾਂ-ਸਾਰਣੀ ਅਨੁਸਾਰ ਮੁਕੰਮਲ ਕਰਵਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਚੋਣਾਂ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਇਸ ਤੋਂ ਇਲਾਵਾ ਵੋਟਾਂ ਦੀ ਲਾਈਵ ਸਟ੍ਰੀਮਿੰਗ ਕੀਤੀ ਜਾਵੇਗੀ। ਵੋਟਰਾਂ ਦੀ ਸਹੂਲਤ ਲਈ ਔਨਲਾਈਨ ਪ੍ਰਬੰਧ ਵੀ ਕੀਤਾ ਜਾਵੇਗਾ, ਜਿਸ ਰਾਹੀਂ ਉਹ ਪੋਲਿੰਗ ਸਟੇਸ਼ਨਾਂ ਤੇ ਲੱਗੀਆਂ ਕਤਾਰਾਂ ਦੀ ਸਥਿਤੀ ਬਾਰੇ ਲਾਈਵ ਜਾਣਕਾਰੀ ਹਾਸਲ ਕਰ ਸਕਣਗੇ। ਇਸ ਨਾਲ ਵੋਟਰਾਂ ਨੂੰ ਆਪਣੀ ਵੋਟ ਪਾਉਣ ਲਈ ਜਾਣ ਦਾ ਸਮਾਂ ਤੈਅ ਕਰਨ ਵਿੱਚ ਮਦਦ ਮਿਲੇਗੀ।

ਡਾ. ਵਿਜੇ ਦੇਵ ਨੇ ਦੱਸਿਆ ਕਿ ਵੋਟਿੰਗ ਦੌਰਾਨ 80 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਵੋਟਰਾਂ ਨੂੰ ਪੋਸਟਲ ਬੈਲਟ ਪੇਪਰ ਰਾਹੀਂ ਵੋਟ ਪਾਉਣ ਦੀ ਸਹੂਲੀਅਤ ਦਿੱਤੀ ਜਾਵੇਗੀ। ਉਨ੍ਹਾਂ ਚੰਡੀਗੜ੍ਹ ਦੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਅਤੇ ਲੋਕਤੰਤਰੀ ਪ੍ਰਕਿਰਿਆ ਵਿੱਚ ਹਿੱਸਾ ਲੈਣ।

Continue Reading

Punjab

ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਪਹੁੰਚੇ ਅੰਮ੍ਰਿਤਪਾਲ ਸਿੰਘ, ਭਲਕੇ ਆਪਣੀ ਦਾਦੀ ਦੇ ਅੰਤਮ ਸਸਕਾਰ ਵਿੱਚ ਹੋਣਗੇ ਸ਼ਾਮਿਲ

Published

on

By

ਅਮ੍ਰਿਤਸਰ, 20 ਨਵੰਬਰ (ਸ.ਬ.) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਭਾਈ ਅੰਮ੍ਰਿਤਪਾਲ ਸਿੰਘ ਨੂੰ ਅੱਜ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦਾ ਗਿਆ।ਅਦਾਲਤ ਵੱਲੋਂ ਦਿੱਤੀ ਗਈ ਤਿੰਨ ਘੰਟਿਆਂ ਦੀ ਹਿਰਾਸਤੀ ਪੈਰੋਲ ਤਹਿਤ ਉਹ 21 ਨਵੰਬਰ ਨੂੰ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿੱਚ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣਗੇ।

ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਅੰਮ੍ਰਿਤਸਰ ਦਿਹਾਤੀ ਪੁਲੀਸ ਦੀ ਟੀਮ ਡੀਐਸਪੀ ਇੰਦਰਜੀਤ ਸਿੰਘ ਦੀ ਅਗਵਾਈ ਹੇਠ ਡਿਬਰੂਗੜ੍ਹ ਪਹੁੰਚ ਗਈ ਸੀ। ਇਹ ਪੁਲੀਸ ਟੀਮ ਕੁਝ ਚਿਰ ਬਾਅਦ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਡਿਬਰੂਗੜ੍ਹ ਤੋਂ ਦਿੱਲੀ ਲੈ ਕੇ ਪਹੁੰਚੀ ਜਿੱਥੋਂ ਫਿਰ ਉਹ ਹਵਾਈ ਜਹਾਜ ਰਾਂਹੀ ਪੰਜਾਬ ਲਈ ਰਵਾਨਾ ਹੋਏ।

ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਰਾਜਾਸਾਂਸੀ ਵਿਖੇ ਪਹੁੰਚਣ ਤੇ ਅਮ੍ਰਿਤਪਾਲ ਸਿੰਘ ਨੂੰ ਪੁਲੀਸ ਸੁਰੱਖਿਆ ਹੇਠ ਰੱਖਿਆ ਜਾਵੇਗਾ। ਪੁਲੀਸ ਵਲੋਂ ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਨੂੰ ਰੱਖੇ ਜਾਂਣ ਵਾਲੇ ਸਥਾਨ ਦੀ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ।

ਇੱਥੇ ਜ਼ਿਕਰਯੋਗ ਹੈ ਕਿ ਫਰਵਰੀ 2023 ਵਿੱਚ ਅਜਨਾਲਾ ਥਾਣੇ ਵਿਖੇ ਵਾਪਰੀ ਘਟਨਾ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਪੰਜਾਬ ਦੀ ਸਿਆਸਤ ਵਿੱਚ ਚਰਚਾ ਦਾ ਕੇਂਦਰ ਬਣ ਗਏ ਸਨ। 23 ਫਰਵਰੀ 2023 ਨੂੰ ਉਨ੍ਹਾਂ ਦੇ ਸਮਰਥਕਾਂ ਨੇ ਆਪਣੇ ਸਾਥੀ ਲਵਪ੍ਰੀਤ ਸਿੰਘ ਤੂਫ਼ਾਨ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅਜਨਾਲਾ ਥਾਣੇ ਦੇ ਬਾਹਰ ਲੱਗੇ ਬੈਰੀਕੇਡ ਤੋੜ ਦਿੱਤੇ ਸਨ ਅਤੇ ਥਾਣੇ ਦੇ ਅੰਦਰ ਦਾਖ਼ਲ ਹੋ ਗਏ ਸਨ। ਇਸ ਦੌਰਾਨ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਟਕਰਾਅ ਹੋਇਆ ਸੀ, ਜਿਸ ਵਿੱਚ ਐਸ ਪੀ ਜੁਗਰਾਜ ਸਿੰਘ ਸਮੇਤ ਕਈ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ।

ਇਸ ਘਟਨਾ ਤੋਂ ਬਾਅਦ ਪੁਲੀਸ ਨੇ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਕਈ ਮਾਮਲੇ ਦਰਜ ਕੀਤੇ ਸਨ। ਪੁਲੀਸ ਵੱਲੋਂ ਇੱਕ ਮਹੀਨੇ ਤੋਂ ਵੱਧ ਸਮੇਂ ਤੱਕ ਭਾਲ ਕੀਤੇ ਜਾਣ ਮਗਰੋਂ 23 ਅਪਰੈਲ 2023 ਨੂੰ ਉਨ੍ਹਾਂ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਕੌਮੀ ਸੁਰੱਖਿਆ ਕਾਨੂੰਨ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ।

ਅੰਮ੍ਰਿਤਪਾਲ ਸਿੰਘ ਲਗਪਗ ਤਿੰਨ ਸਾਲ ਸੱਤ ਮਹੀਨਿਆਂ ਤੋਂ ਵੱਧ ਸਮੇਂ ਬਾਅਦ ਆਪਣੇ ਪਰਿਵਾਰ ਵਿਚਕਾਰ ਪਹੁੰਚਣਗੇ। ਅੰਮ੍ਰਿਤਸਰ ਦੀ ਅਦਾਲਤ ਨੇ ਉਨ੍ਹਾਂ ਨੂੰ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਤਿੰਨ ਘੰਟਿਆਂ ਦੀ ਹਿਰਾਸਤੀ ਪੈਰੋਲ ਦਿੱਤੀ ਹੈ। ਅਦਾਲਤੀ ਹੁਕਮਾਂ ਅਨੁਸਾਰ ਉਹ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਪੁਲੀਸ ਹਿਰਾਸਤ ਵਿੱਚ ਰਹਿੰਦਿਆਂ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋ ਸਕਣਗੇ।

Continue Reading

Mohali

ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ : ਹਰਪਾਲ ਸਿੰਘ ਚੀਮਾ

Published

on

By

ਵਿਦਿਆਰਥੀਆਂ ਨੂੰ ਕੱਲ੍ਹ ਤੋਂ ਆਨਲਾਈਨ ਸ਼ੁਰੂ ਹੋਣ ਵਾਲੇ ਮੁਕਾਬਲੇ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ

ਐਸ ਏ ਐਸ ਨਗਰ, 20 ਨਵੰਬਰ (ਸ.ਬ.) ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਸੂਬਾ ਸਰਕਾਰ ਵਲੋਂ ਆਰੰਭੇ ‘ਪੰਜਾਬ ਦਾ ਕਰੋੜਪਤੀ’ ਮੁਕਾਬਲੇ ਨੂੰ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰਨ, ਗਿਆਨ ਵਿੱਚ ਵਾਧਾ ਕਰਨ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵਿੱਚ ਮਦਦਗਾਰ ਸਾਬਤ ਹੋਵੇਗਾ। ਰਿਆਤ ਤੇ ਬਾਹਰਾ ਯੂਨੀਵਰਸਿਟੀ, ਖਰੜ ਵਿਖੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਇਹ ਪਹਿਲਕਦਮੀ ਸੂਬਾ ਸਰਕਾਰ ਦੀ ਪੰਜਾਬ ਦੇ ਨੌਜਵਾਨਾਂ ਦੀ ਊਰਜਾ ਨੂੰ ਸਿੱਖਿਆ, ਗਿਆਨ ਅਤੇ ਉਸਾਰੂ ਮੁਕਾਬਲੇਬਾਜ਼ੀ ਵੱਲ ਸੇਧਿਤ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਉਨ੍ਹਾਂ ਕਿਹਾ ਕਿ ਇਹ ਮੁਕਾਬਲਾ ਨੌਜਵਾਨਾਂ ਨੂੰ ਆਪਣੇ ਗਿਆਨ ਨੂੰ ਪਰਖਣ, ਪੰਜਾਬ ਦੀ ਅਮੀਰ ਵਿਰਾਸਤ ਬਾਰੇ ਆਪਣੀ ਸਮਝ ਨੂੰ ਹੋਰ ਵਿਸ਼ਾਲ ਕਰਨ ਅਤੇ ਇੱਕ ਕਰੋੜ ਰੁਪਏ ਦੇ ਮੁੱਖ ਇਨਾਮ ਸਮੇਤ ਆਕਰਸ਼ਕ ਨਕਦ ਇਨਾਮ ਜਿੱਤਣ ਦਾ ਮੌਕਾ ਪ੍ਰਦਾਨ ਕਰੇਗਾ। ਇਸ ਪਹਿਲਕਦਮੀ ਦੇ ਅਕਾਦਮਿਕ ਮਹੱਤਵ ਬਾਰੇ ਗੱਲ ਕਰਦਿਆਂ ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ, ਭੂਗੋਲ, ਕਲਾ, ਸੱਭਿਆਚਾਰ, ਆਮ ਗਿਆਨ, ਸਮਕਾਲੀ ਮਾਮਲਿਆਂ, ਯੋਗਤਾ ਅਤੇ ਸ਼ਾਸਨ ਪ੍ਰਬੰਧ ਨਾਲ ਸਬੰਧਤ ਵਿਸ਼ਾਲ ਪ੍ਰਸ਼ਨ ਭੰਡਾਰ ਵਿਦਿਆਰਥੀਆਂ ਦੇ ਗਿਆਨ ਦੇ ਦਾਇਰੇ ਨੂੰ ਵਧਾਉਣ ਵਿੱਚ ਮਦਦਗਾਰ ਹੋਵੇਗਾ। ਉਨ੍ਹਾਂ ਕਿਹਾ ਕਿ ਕਾਂਸਟੇਬਲ, ਪਟਵਾਰੀ ਅਤੇ ਪੀ. ਸੀ. ਐਸ. ਵਰਗੀਆਂ ਭਰਤੀ ਪ੍ਰੀਖਿਆਵਾਂ ਦੇ ਪੈਟਰਨ ਅਨੁਸਾਰ ਤਿਆਰ ਕੀਤੇ ਗਏ ਪ੍ਰਸ਼ਨ ਨੌਜਵਾਨਾਂ ਨੂੰ ਭਵਿੱਖ ਦੀਆਂ ਸਰਕਾਰੀ ਭਰਤੀ ਪ੍ਰੀਖਿਆਵਾਂ ਦੀ ਤਿਆਰੀ ਲਈ ਵੀ ਮਜ਼ਬੂਤ ਕਰਨਗੇ।

ਵਿੱਤ ਮੰਤਰੀ ਨੇ ਦੱਸਿਆ ਕਿ ਇਸ ਮੁਕਾਬਲੇ ਦੇ ਆਨਲਾਈਨ ਪੜਾਅ 21 ਨਵੰਬਰ ਤੋਂ ਸ਼ੁਰੂ ਹੋਣਗੇ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲਾ ਪੰਜਾਬ ਦੇ 15 ਤੋਂ 30 ਸਾਲ ਦੀ ਉਮਰ ਦੇ ਵਸਨੀਕਾਂ ਲਈ ਖੁੱਲ੍ਹਾ ਹੈ ਅਤੇ ਇਸ ਦੇ ਕੁੱਲ 11 ਪੜਾਅ ਹੋਣਗੇ। ਪਹਿਲੇ ਨੌਂ ਪੜਾਅ ਆਨਲਾਈਨ ਕਰਵਾਏ ਜਾਣਗੇ, ਜਦਕਿ ਇਸ ਤੋਂ ਬਾਅਦ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਮੁਕਾਬਲੇ ਅਤੇ ਅੰਤ ਵਿੱਚ ਸੂਬਾ ਪੱਧਰੀ ਫਾਈਨਲ ਕਰਵਾਇਆ ਜਾਵੇਗਾ।

ਇਨਾਮਾਂ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਚੀਮਾ ਨੇ ਕਿਹਾ ਕਿ ਸੂਬਾ ਪੱਧਰੀ ਜੇਤੂ ਨੂੰ ਇੱਕ ਕਰੋੜ ਰੁਪਏ ਦਾ ਇਨਾਮ ਦਿੱਤਾ ਜਾਵੇਗਾ, ਜਦੋਂਕਿ ਚਾਰ ਉਪ ਜੇਤੂਆਂ ਨੂੰ 10-10 ਲੱਖ ਰੁਪਏ ਅਤੇ ਲੀਡਰਬੋਰਡ ਵਿੱਚ ਸਥਾਨ ਹਾਸਲ ਕਰਨ ਵਾਲੇ ਅੱਠ ਹੋਰ ਭਾਗੀਦਾਰਾਂ ਨੂੰ 5-5 ਲੱਖ ਰੁਪਏ ਦਿੱਤੇ ਜਾਣਗੇ। ਇਸ ਤੋਂ ਇਲਾਵਾ ਮੁਕਾਬਲੇ ਦੇ ਵੱਖ-ਵੱਖ ਪੜਾਵਾਂ ਦੌਰਾਨ ਕੁੱਲ 10,000 ਭਾਗੀਦਾਰਾਂ ਨੂੰ ਇਨਾਮ ਦਿੱਤੇ ਜਾਣਗੇ।

ਇਸ ਮੌਕੇ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ, ਉਪ ਕੁਲਪਤੀ ਸੰਜੇ ਕੁਮਾਰ, ਆਲਫ਼ਾ ਸਕੂਲ ਦੀ ਡਾਇਰੈਕਟਰ ਪੂਜਾ ਸ਼ਰਮਾ ਅਤੇ ਏ.ਐਸ.ਏ.ਪੀ. ਦੇ ਆਗੂ ਹਰਮਨਪ੍ਰੀਤ ਸਿੰਘ ਖੋਖਰ, ਰਮਨਪ੍ਰੀਤ ਸਿੰਘ ਟਿੰਕਾ ਅਤੇ ਪ੍ਰਭਨੂਰ ਸਿੰਘ ਬੇਦੀ ਵੀ ਮੌਜੂਦ ਰਹੇ।

Continue Reading

Latest News

Trending