Connect with us

Mohali

ਸਮਾਜ ਨੂੰ ਬਰਾਬਰਤਾ, ਭਾਈਚਾਰੇ ਅਤੇ ਮਾਨਵਤਾ ਦਾ ਸੰਦੇਸ਼ ਦਿੰਦੀਆਂ ਹਨ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ : ਆਭਾ ਬੰਸਲ

Published

on

ਗੁਰੂ ਰਵਿਦਾਸ ਡਾਇਮੰਡ ਟੈਂਪਲ ਨੂੰ ਦੋ ਪਾਲਕੀ ਸਾਹਿਬ ਭੇਟ ਕੀਤੀਆਂ

ਐਸ ਏ ਐਸ ਨਗਰ, 23 ਨਵੰਬਰ (ਸ.ਬ.) ਮੁਹਾਲੀ ਦੇ ਫੇਜ਼-7 ਸਥਿਤ ਸ੍ਰੀ ਗੁਰੂ ਰਵਿਦਾਸ ਡਾਇਮੰਡ ਟੈਂਪਲ ਵਿਖੇ ਅਮੇਯ ਫਾਊਂਡੇਸ਼ਨ ਦੀ ਚੇਅਰਪਰਸਨ ਅਤੇ ਭਾਜਪਾ ਮਹਿਲਾ ਮੋਰਚਾ ਦੀ ਸੂਬਾ ਉਪ ਪ੍ਰਧਾਨ ਆਭਾ ਬਾਂਸਲ ਵੱਲੋਂ ਮੰਦਰ ਨੂੰ ਦੋ ਪਾਲਕੀ ਸਾਹਿਬ ਭੇਟ ਕੀਤੀਆਂ ਗਈਆਂ ਹਨ।

ਇਸ ਮੌਕੇ ਆਭਾ ਬਾਂਸਲ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਸਮਾਜ ਨੂੰ ਬਰਾਬਰਤਾ, ਭਾਈਚਾਰੇ ਅਤੇ ਮਾਨਵਤਾ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਪਾਲਕੀ ਸਾਹਿਬ ਭੇਟ ਕਰਨ ਦੀ ਸੇਵਾ ਨਿਭਾਉਣਾ ਉਨ੍ਹਾਂ ਲਈ ਸੁਭਾਗ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੇ ਵਿਚਾਰ ਅੱਜ ਵੀ ਸਮਾਜ ਨੂੰ ਇਕਜੁੱਟ ਕਰਨ ਅਤੇ ਸਮਾਜਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਦੀ ਪ੍ਰੇਰਨਾ ਦਿੰਦੇ ਹਨ।

ਇਸ ਮੌਕੇ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਦੇ ਅਹੁਦੇਦਾਰਾਂ ਵੱਲੋਂ ਧਾਰਮਿਕ ਮਰਿਆਦਾ ਅਨੁਸਾਰ ਅਰਦਾਸ ਕੀਤੀ ਗਈ ਅਤੇ ਪਾਲਕੀ ਸਾਹਿਬ ਨੂੰ ਮੰਦਰ ਵਿੱਚ ਸੁਸ਼ੋਭਿਤ ਕੀਤਾ ਗਿਆ। ਸਭਾ ਦੇ ਅਹੁਦੇਦਾਰਾਂ ਨੇ ਆਭਾ ਬਾਂਸਲ ਦਾ ਧਾਰਮਿਕ ਸੇਵਾ ਵਿੱਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ।

ਇਸ ਮੌਕੇ ਨਗਰ ਨਿਗਮ ਦੀ ਕੌਂਸਲਰ ਅੰਨੁ ਆਨੰਗ, ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਸ੍ਰੀ ਸ਼ਲਿੰਦਰ ਆਨੰਦ, ਕਾਂਗਰਸੀ ਆਗੂ ਸ੍ਰੀ ਜਤਿੰਦਰ ਆਨੰਦ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜਿਰ ਸਨ।

Continue Reading

Mohali

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਨਗਰ ਕੀਰਤਨ ਦਾ ਆਯੋਜਨ ਕੀਤਾ

Published

on

By

ਐਸ ਏ ਐਸ ਨਗਰ, 23 ਨਵੰਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਨਗਰ ਕੀਰਤਨ ਦਾ ਆਯੋਜਨ ਵਿੱਚ ਕੀਤਾ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਅਰੰਭ ਹੋ ਕੇ ਪੂਰੇ ਇਲਾਕੇ ਦੀ ਪ੍ਰਕਰਮਾ ਕਰਦਾ ਹੋਇਆ, ਗੁਰਦੁਆਰਾ ਸਾਹਿਬ ਵਿੱਚ ਹੀ ਸਮਾਪਤ ਹੋਇਆ।

ਨਗਰ ਕੀਰਤਨ ਵਿੱਚ ਸ਼ੀਸ਼ੇ ਦੀ ਆਲੀਸ਼ਾਨ ਪਾਲਕੀ ਸਾਹਿਬ ਜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਬਿਰਾਜਮਾਨ ਕਰਵਾਏ ਗਏ ਸਨ। ਪਾਲਕੀ ਸਾਹਿਬ ਜੀ ਨੂੰ ਫੁੱਲਾਂ ਨਾਲ ਸਜਾਇਆ ਗਿਆ ਸੀ। ਪਾਲਕੀ ਸਾਹਿਬ ਜੀ ਦੇ ਪਿੱਛੇ ਰਾਗੀ ਸਿੰਘਾਂ ਅਤੇ ਸੰਗਤਾਂ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਦਾ ਗਾਇਨ ਕੀਤਾ ਜਾ ਰਿਹਾ ਸੀ।

ਨਗਰ ਕੀਰਤਨ ਵਿੱਚ ਕਈ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਸ਼ਮੂਲੀਅਤ ਕੀਤੀ। ਫੌਜੀ ਬੈਂਡ, ਸਕੂਲੀ ਬੱਚਿਆਂ ਦੇ ਬੈਂਡ ਅਤੇ ਹੋਰ ਕਈ ਬੈਂਡ ਵਾਲਿਆਂ ਨੇ ਨਗਰ ਕੀਰਤਨ ਦੀ ਸ਼ੋਭਾ ਵਧਾਈ। ਨਗਰ ਕੀਰਤਨ ਦੇ ਪੂਰੇ ਰਸਤੇ ਨੂੰ ਸਵਾਗਤੀ ਗੇਟਾਂ ਨਾਲ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਨਗਰ ਕੀਰਤਨ ਦਾ ਥਾਂ ਥਾਂ ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜਰੀ ਲਗਵਾਈ। ਸੰਗਤਾਂ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਂਟ ਕੀਤੇ ਗਏ ਅਤੇ ਸੰਗਤਾਂ ਵੱਲੋਂ ਥਾਂ ਥਾਂ ਤੇ ਚਾਹ, ਬ੍ਰੈਡ ਪਕੌੜੇ, ਮਠਿਆਈਆਂ, ਸੁੱਕੇ ਮੇਵਿਆਂ ਦਾ ਪ੍ਰਸ਼ਾਦ ਅਤੁੱਟ ਵਰਤਾਇਆ ਗਿਆ।

Continue Reading

Mohali

ਮੁਹਾਲੀ ਵਿੱਚ ਦਿਨ-ਦਿਹਾੜੇ ਵਾਪਰਦੀਆਂ ਗੋਲੀਆਂ ਚਲਣ ਦੀਆਂ ਵਾਰਦਾਤਾਂ ਨੇ ਸ਼ਹਿਰ ਵਾਸੀਆਂ ਵਿੱਚ ਦਹਿਸ਼ਤ ਪੈਦਾ ਕੀਤੀ : ਕੁਲਜੀਤ ਸਿੰਘ ਬੇਦੀ

Published

on

By

ਐਸ ਏ ਐਸ ਨਗਰ, 23 ਨਵੰਬਰ (ਸ.ਬ.) ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਮੁਹਾਲੀ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਵਿਗੜਦੀ ਸਥਿਤੀ ਅਤੇ ਲਗਾਤਾਰ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਸ਼ਹਿਰ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਨ ਲੱਗ ਪਏ ਹਨ ਅਤੇ ਪੁਲੀਸ ਪ੍ਰਸ਼ਾਸਨ ਨੂੰ ਇਸ ਸਥਿਤੀ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ।

ਇੱਥੇ ਜਾਰੀ ਬਿਆਨ ਵਿੱਚ ਸz. ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਹਾਲ ਹੀ ਵਿੱਚ ਮੁਹਾਲੀ ਵਿੱਚ ਦੋ ਵੱਖ-ਵੱਖ ਥਾਵਾਂ ਤੇ ਫਾਇਰਿੰਗ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਪਹਿਲਾਂ ਇੱਕ ਆਰਕੀਟੈਕਟ ਦੇ ਫੇਜ਼-11 ਸਥਿਤ ਘਰ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਇਸ ਤੋਂ ਬਾਅਦ ਸੈਕਟਰ-79 ਸਥਿਤ ਹੇਅਰ ਮਾਸਟਰ ਸੈਲੂਨ ਤੇ ਗੋਲੀਆਂ ਚਲਾਈਆਂ ਗਈਆਂ। ਉਹਨਾਂ ਕਿਹਾ ਕਿ ਖੁਸ਼ਕਿਸਮਤੀ ਨਾਲ ਇਨ੍ਹਾਂ ਘਟਨਾਵਾਂ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਲੋਕਾਂ ਦੇ ਮਨਾਂ ਵਿੱਚ ਡਰ ਦਾ ਮਾਹੌਲ ਜ਼ਰੂਰ ਪੈਦਾ ਹੋਇਆ ਹੈ।

ਉਨ੍ਹਾਂ ਕਿਹਾ ਕਿ ਹੈਰਾਨੀਜਨਕ ਗੱਲ ਇਹ ਹੈ ਕਿ ਇਸੇ ਸੈਲੂਨ ਤੇ ਪਹਿਲਾਂ ਵੀ 2 ਸਤੰਬਰ ਨੂੰ ਫਾਇਰਿੰਗ ਹੋ ਚੁੱਕੀ ਹੈ ਅਤੇ ਇੱਕੋ ਕਾਰੋਬਾਰੀ ਅਦਾਰੇ ਨੂੰ ਵਾਰ-ਵਾਰ ਨਿਸ਼ਾਨਾ ਬਣਾਇਆ ਜਾਣਾ ਪੁਲੀਸ ਦੀ ਕਾਰਜਪ੍ਰਣਾਲੀ ਅਤੇ ਅਪਰਾਧੀਆਂ ਵਿੱਚ ਕਾਨੂੰਨ ਦਾ ਡਰ ਹੋਣ ਸਬੰਧੀ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਜੇਕਰ ਅਪਰਾਧੀ ਵਾਰ-ਵਾਰ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਹਿੰਮਤ ਕਰ ਰਹੇ ਹਨ ਤਾਂ ਇਹ ਸ਼ਹਿਰ ਦੀ ਸੁਰੱਖਿਆ ਵਿਵਸਥਾ ਲਈ ਚਿੰਤਾ ਦਾ ਵਿਸ਼ਾ ਹੈ।

ਉਹਨਾਂ ਕਿਹਾ ਕਿ ਸ਼ਹਿਰ ਵਿੱਚ ਸਨੈਚਿੰਗ ਦੀਆਂ ਘਟਨਾਵਾਂ ਵੀ ਲੋਕਾਂ ਲਈ ਵੱਡੀ ਸਮੱਸਿਆ ਬਣ ਰਹੀਆਂ ਹਨ। ਮੋਟਰਸਾਈਕਲ ਸਵਾਰ ਸਨੈਚਰ ਥਾਂ-ਥਾਂ ਘੁੰਮਦੇ ਹਨ ਅਤੇ ਖ਼ਾਸ ਕਰਕੇ ਔਰਤਾਂ ਨੂੰ ਨਿਸ਼ਾਨਾ ਬਣਾਉਂਦੇ ਹਨ। ਇਸ ਤੋਂ ਇਲਾਵਾ ਨਸ਼ਿਆਂ ਦਾ ਵਧਦਾ ਪ੍ਰਭਾਵ ਵੀ ਸਮਾਜ ਲਈ ਗੰਭੀਰ ਚੁਣੌਤੀ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਅਤੇ ਅਪਰਾਧ ਇੱਕ-ਦੂਜੇ ਨਾਲ ਜੁੜੀਆਂ ਸਮੱਸਿਆਵਾਂ ਹਨ, ਇਸ ਲਈ ਇਨ੍ਹਾਂ ਵਿਰੁੱਧ ਠੋਸ ਕਾਰਵਾਈ ਦੀ ਲੋੜ ਹੈ।

ਉਹਨਾਂ ਕਿਹਾ ਕਿ ਮੁਹਾਲੀ ਵਿੱਚ ਸਿਰਫ਼ ਅਮਨ-ਕਾਨੂੰਨ ਦੀ ਸਥਿਤੀ ਹੀ ਨਹੀਂ, ਬਲਕਿ ਟ੍ਰੈਫਿਕ ਵਿਵਸਥਾ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਸ਼ਹਿਰ ਦੀ ਆਬਾਦੀ, ਵਾਹਨਾਂ ਦੀ ਗਿਣਤੀ ਅਤੇ ਬਾਹਰੋਂ ਆਉਣ-ਜਾਣ ਵਾਲੇ ਲੋਕਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਪਰ ਉਸ ਅਨੁਪਾਤ ਵਿੱਚ ਟ੍ਰੈਫਿਕ ਪ੍ਰਬੰਧਨ ਅਤੇ ਪੁਲੀਸ ਦੀ ਨਫ਼ਰੀ ਵਿੱਚ ਵਾਧਾ ਨਹੀਂ ਕੀਤਾ ਗਿਆ। ਸ਼ਹਿਰ ਦੇ ਮੁੱਖ ਚੌਕਾਂ, ਬਾਜ਼ਾਰਾਂ ਅਤੇ ਸੜਕਾਂ ਤੇ ਅਕਸਰ ਟ੍ਰੈਫਿਕ ਜਾਮ ਦੀ ਸਥਿਤੀ ਬਣੀ ਰਹਿੰਦੀ ਹੈ। ਕਈ ਵਾਰ ਲੋਕਾਂ ਨੂੰ ਆਪਣੀ ਮੰਜ਼ਿਲ ਤੇ ਪਹੁੰਚਣ ਲਈ ਕਾਫ਼ੀ ਸਮਾਂ ਸੜਕਾਂ ਤੇ ਹੀ ਬਿਤਾਉਣਾ ਪੈਂਦਾ ਹੈ।

ਉਨ੍ਹਾਂ ਕਿਹਾ ਕਿ ਪੁਲੀਸ ਦੀ ਨਫ਼ਰੀ ਬਹੁਤ ਘੱਟ ਹੈ ਅਤੇ ਮੁਹਾਲੀ ਵਿੱਚ ਤਾਇਨਾਤ ਪੁਲੀਸ ਮੁਲਾਜ਼ਮਾਂ ਦਾ ਵੱਡਾ ਹਿੱਸਾ ਵੀਆਈਪੀ ਡਿਊਟੀਆਂ ਅਤੇ ਹੋਰ ਵਿਸ਼ੇਸ਼ ਡਿਊਟੀਆਂ ਵਿੱਚ ਹੀ ਰੁੱਝਿਆ ਰਹਿੰਦਾ ਹੈ। ਇਸ ਕਾਰਨ ਆਮ ਲੋਕਾਂ ਦੀ ਸੁਰੱਖਿਆ, ਰਾਤ ਦੀ ਗਸ਼ਤ, ਪੈਟਰੋਲਿੰਗ ਅਤੇ ਟ੍ਰੈਫਿਕ ਕੰਟਰੋਲ ਲਈ ਲੋੜੀਂਦੀ ਪੁਲੀਸ ਉਪਲਬਧ ਨਹੀਂ ਰਹਿੰਦੀ।

ਉਨ੍ਹਾਂ ਪੁਲੀਸ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਹਾਲੀ ਵਿੱਚ ਪੁਲੀਸ ਦੀ ਨਫ਼ਰੀ ਤੁਰੰਤ ਵਧਾਈ ਜਾਵੇ, ਵੀ ਆਈ ਪੀ ਡਿਊਟੀਆਂ ਦੇ ਨਾਲ-ਨਾਲ ਆਮ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾਵੇ, ਸੰਵੇਦਨਸ਼ੀਲ ਇਲਾਕਿਆਂ ਵਿੱਚ ਰਾਤ ਦੀ ਗਸ਼ਤ ਵਧਾਈ ਜਾਵੇ ਅਤੇ ਸਨੈਚਿੰਗ ਤੇ ਫਾਇਰਿੰਗ ਦੀਆਂ ਘਟਨਾਵਾਂ ਵਿੱਚ ਸ਼ਾਮਲ ਅਪਰਾਧੀਆਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ।

Continue Reading

Mohali

ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਦਾ ਜਾਇਜ਼ਾ

Published

on

By

2 ਦਸੰਬਰ ਨੂੰ ਜ਼ਿਲ੍ਹੇ ਵਿੱਚ ਦਾਖਿਲ ਹੋਵੇਗੀ ਸ਼ੋਭਾ ਯਾਤਰਾ, ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਡਿਊਟੀਆਂ ਨਿਭਾਉਣ ਦੇ ਨਿਰਦੇਸ਼

ਐਸ ਏ ਐਸ ਨਗਰ, 23 ਨਵੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਈ ਜਾ ਰਹੀ ਸ਼ੋਭਾ ਯਾਤਰਾ ਦੇ ਸੁਚਾਰੂ ਸੰਚਾਲਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਵਾਸਤੇ ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਨੇ ਅੱਜ ਜ਼ਿਲ੍ਹੇ ਦੇ ਸਿਵਲ ਅਤੇ ਪੁਲੀਸ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਸਮੀਖਿਆ ਮੀਟਿੰਗ ਕੀਤੀ।

ਵਾਰਾਣਸੀ (ਕਾਸ਼ੀ) ਤੋਂ ਸ਼ੁਰੂ ਹੋ ਕੇ ਖੁਰਾਲਗੜ੍ਹ ਸਾਹਿਬ ਜਾ ਰਹੀ ਇਹ ਸ਼ੋਭਾ ਯਾਤਰਾ 2 ਦਸੰਬਰ 2026 ਨੂੰ ਡੇਰਾਬੱਸੀ-ਜ਼ੀਰਕਪੁਰ ਰਸਤੇ ਰਾਹੀਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਪ੍ਰਵੇਸ਼ ਕਰੇਗੀ। ਮੁਹਾਲੀ ਵਿਖੇ ਰਾਤ ਦਾ ਠਹਿਰਾਅ ਕਰਨ ਉਪਰੰਤ ਇਹ 3 ਦਸੰਬਰ ਨੂੰ ਜ਼ਿਲ੍ਹਾ ਰੂਪਨਗਰ ਲਈ ਰਵਾਨਾ ਹੋਵੇਗੀ। ਜ਼ਿਲ੍ਹੇ ਅੰਦਰ ਸ਼ੋਭਾ ਯਾਤਰਾ ਦਾ ਰੂਟ ਲਾਲੜੂ, ਡੇਰਾਬੱਸੀ, ਜ਼ੀਰਕਪੁਰ ਏਅਰਪੋਰਟ ਲਾਈਟਾਂ (ਪਟਿਆਲਾ ਰੋਡ), ਏਅਰਪੋਰਟ ਚੌਕ ਮੁਹਾਲੀ, ਆਈ.ਆਈ.ਐਸ.ਈ.ਆਰ. ਲਾਈਟਾਂ, ਫੇਜ਼-11 ਅਤੇ ਫੇਜ਼-9 ਮੁਹਾਲੀ, ਗੁਰਦੁਆਰਾ ਅੰਬ ਸਾਹਿਬ (ਫੇਜ਼-8), ਗੁਰਦੁਆਰਾ ਸੋਹਾਣਾ ਸਾਹਿਬ, ਖਰੜ ਅਤੇ ਕੁਰਾਲੀ ਤੋਂ ਹੁੰਦਾ ਹੋਇਆ ਜ਼ਿਲ੍ਹਾ ਰੂਪਨਗਰ ਵੱਲ ਜਾਵੇਗਾ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਅਧਿਕਾਰੀ ਅਤੇ ਕਰਮਚਾਰੀ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਸਖ਼ਤੀ ਨਾਲ ਨਿਭਾਏ। ਉਨ੍ਹਾਂ ਕਿਹਾ ਕਿ ਸ਼ੋਭਾ ਯਾਤਰਾ ਦੇ ਸਮੁੱਚੇ ਰੂਟ ਤੇ ਆਵਾਜਾਈ ਦੇ ਸੁਚਾਰੂ ਪ੍ਰਬੰਧ, ਸੰਗਤ ਦੀ ਸੁਰੱਖਿਆ, ਸਾਫ਼-ਸਫ਼ਾਈ, ਨਿਰਵਿਘਨ ਬਿਜਲੀ ਸਪਲਾਈ, ਸਿਹਤ ਸਹੂਲਤਾਂ ਅਤੇ ਅੱਗ ਬੁਝਾਊ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਮਨ ਮਾਰਕਨ, ਪੀ.ਸੀ.ਐਸ. ਸਮੁੱਚੇ ਸਿਵਲ ਪ੍ਰਬੰਧਾਂ ਲਈ ਜ਼ਿਲ੍ਹਾ ਨੋਡਲ ਅਧਿਕਾਰੀ ਵਜੋਂ ਕੰਮ ਕਰਨਗੇ, ਜੋ ਐਸ.ਐਸ.ਪੀ. ਵੱਲੋਂ ਨਾਮਜ਼ਦ ਸੀਨੀਅਰ ਪੁਲੀਸ ਨੋਡਲ ਅਧਿਕਾਰੀ ਨਾਲ ਤਾਲਮੇਲ ਕਰਕੇ ਕੰਮ ਕਰਨਗੇ। ਸਬੰਧਤ ਉਪ ਮੰਡਲਾਂ ਵਿੱਚ ਐਸ.ਡੀ.ਐਮ. ਡੇਰਾਬੱਸੀ ਅਮਿਤ ਗੁਪਤਾ, ਐਸ.ਡੀ.ਐਮ. ਮੁਹਾਲੀ ਦਮਨਦੀਪ ਕੌਰ ਅਤੇ ਐਸ.ਡੀ.ਐਮ. ਖਰੜ ਗੁਰਮੀਤ ਸਿੰਘ ਆਪੋ-ਆਪਣੇ ਖੇਤਰਾਂ ਵਿੱਚ ਸਿਵਲ ਪ੍ਰਬੰਧਾਂ ਦੇ ਇੰਚਾਰਜ ਹੋਣਗੇ। ਐਸ.ਡੀ.ਐਮ. ਮੁਹਾਲੀ ਦਮਨਦੀਪ ਕੌਰ ਨੂੰ ਮੁਹਾਲੀ ਵਿਖੇ ਸ਼ੋਭਾ ਯਾਤਰਾ ਦੇ ਰਾਤ ਦੇ ਠਹਿਰਾਅ ਸਬੰਧੀ ਪ੍ਰਬੰਧਾਂ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਐਸ.ਏ.ਐਸ. ਨਗਰ, ਗਮਾਡਾ, ਲੋਕ ਨਿਰਮਾਣ ਵਿਭਾਗ (ਬੀ.ਐਂਡ.ਆਰ.), ਪੀ. ਐਸ. ਪੀ. ਸੀ. ਐਲ., ਸਿਹਤ ਵਿਭਾਗ, ਖੁਰਾਕ ਤੇ ਸਿਵਲ ਸਪਲਾਈਜ਼ ਅਤੇ ਅੱਗ ਬੁਝਾਊ ਸੇਵਾਵਾਂ ਸਮੇਤ ਸਾਰੇ ਸਬੰਧਤ ਵਿਭਾਗਾਂ ਨੂੰ ਜ਼ਮੀਨੀ ਪੱਧਰ ਤੇ ਤਿਆਰੀਆਂ ਸਮਾਂ ਰਹਿੰਦੇ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸੜਕਾਂ ਦੀ ਮੁਰੰਮਤ, ਰਸਤਿਆਂ ਵਿੱਚ ਆਉਂਦੀਆਂ ਦਰੱਖਤਾਂ ਦੀਆਂ ਲਟਕਦੀਆਂ ਟਾਹਣੀਆਂ ਦੀ ਛੰਗਾਈ, ਬਿਜਲੀ ਦੀਆਂ ਢਿੱਲੀਆਂ ਤਾਰਾਂ ਨੂੰ ਸੁਰੱਖਿਅਤ ਕਰਨ, ਐਂਬੂਲੈਂਸਾਂ ਅਤੇ ਮੈਡੀਕਲ ਟੀਮਾਂ ਦੀ ਤਾਇਨਾਤੀ, ਸਫ਼ਾਈ, ਮੋਬਾਈਲ ਪਖਾਨਿਆਂ ਅਤੇ ਲੰਗਰ ਤੇ ਠਹਿਰਾਅ ਵਾਲੀਆਂ ਥਾਵਾਂ ਤੇ ਪੀਣ ਵਾਲੇ ਪਾਣੀ ਦੇ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ। ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੀ ਤਿਆਰੀ ਸਬੰਧੀ ਅੰਤਿਮ ਰਿਪੋਰਟ 1 ਦਸੰਬਰ 2026 ਨੂੰ ਸ਼ਾਮ 5 ਵਜੇ ਤੱਕ ਜ਼ਿਲ੍ਹਾ ਨੋਡਲ ਅਧਿਕਾਰੀ ਕੋਲ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਮਨ ਮੜ੍ਹਕਣ, ਐਸ.ਡੀ.ਐਮ. ਮੁਹਾਲੀ ਅਤੇ ਨਗਰ ਨਿਗਮ ਕਮਿਸ਼ਨਰ ਦਮਨਦੀਪ ਕੌਰ, ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ, ਐਸ ਪੀ (ਐਚ) ਨਵਰੀਤ ਸਿੰਘ ਤੋਂ ਇਲਾਵਾ ਹੋਰ ਸੀਨੀਅਰ ਸਿਵਲ ਅਤੇ ਪੁਲੀਸ ਅਧਿਕਾਰੀ ਵੀ ਹਾਜ਼ਰ ਸਨ।

Continue Reading

Latest News

Trending