Connect with us

Punjab

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੋਅ

Published

on

ਅੰਮ੍ਰਿਤਸਰ, 24 ਨਵੰਬਰ (ਸ.ਬ.) ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਸੁੰਦਰ ਜਲੋਅ ਸਜਾਏ ਗਏ। ਸਵੇਰ ਤੋਂ ਹੀ ਦੇਸ਼- ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀ ਹੈ।

ਪ੍ਰਕਾਸ਼ ਪੁਰਬ ਮੌਕੇ ਕੜਾਕੇ ਦੀ ਠੰਢ ਦੇ ਬਾਵਜੂਦ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸੰਗਤਾਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਅਤੇ ਕਤਾਰਾਂ ਵਿੱਚ ਲੱਗ ਕੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ-ਦੀਦਾਰੇ ਕੀਤੇ।

ਦਰਬਾਰ ਸਾਹਿਬ ਵਿਖੇ ਚੱਲ ਰਹੇ ਇਲਾਹੀ ਗੁਰਬਾਣੀ ਕੀਰਤਨ ਦਾ ਸਰਵਣ ਕਰਕੇ ਸ਼ਰਧਾਲੂਆਂ ਨੇ ਆਤਮਿਕ ਸ਼ਾਂਤੀ ਪ੍ਰਾਪਤ ਕੀਤੀ। ਸੰਗਤ ਨੇ ਗੁਰੂ ਚਰਨਾਂ ਵਿੱਚ ਆਪਣੇ ਪਰਿਵਾਰਾਂ ਦੀ ਸੁੱਖ-ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਗੁਰੂ ਸਾਹਿਬ ਦੇ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੇ ਸੰਦੇਸ਼ ਨੂੰ ਵੀ ਯਾਦ ਕੀਤਾ ਗਿਆ।

ਗੁਰਪੁਰਬ ਦੇ ਵਿਸ਼ਾਲ ਸਮਾਗਮ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੀ ਸਹੂਲਤ ਅਤੇ ਸੁਰੱਖਿਆ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਪਰਿਵਾਰਾਂ ਸਮੇਤ ਦਰਸ਼ਨਾਂ ਲਈ ਪਹੁੰਚੇ ਸ਼ਰਧਾਲੂਆਂ ਨੇ ਇਨ੍ਹਾਂ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਭਾਰਤ ਤੋਂ ਵੱਡੀ ਗਿਣਤੀ ਵਿੱਚ ਜਥੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਵੀ ਰਵਾਨਾ ਹੋਏ ਹਨ।

ਗੁਰਪੁਰਬ ਦੇ ਪਵਿੱਤਰ ਮੌਕੇ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਵਿਸ਼ੇਸ਼ ਤੌਰ ਤੇ ਜਲੋਅ ਸਾਹਿਬ ਸਜਾਏ ਗਏ। ਇਸ ਵਿੱਚ ਇਤਿਹਾਸਕ ਅਤੇ ਬੇਸ਼ਕੀਮਤੀ ਗਹਿਣਿਆਂ ਤੇ ਸ਼ਸਤਰਾਂ ਦੇ ਦਰਸ਼ਨ ਕਰਵਾਏ ਜਾਣਗੇ, ਜਿਸ ਨੂੰ ਦੇਖਣ ਲਈ ਸੰਗਤ ਵਿੱਚ ਖ਼ਾਸ ਉਤਸ਼ਾਹ ਰਹਿੰਦਾ ਹੈ।

ਪ੍ਰਕਾਸ਼ ਪੁਰਬ ਦੇ ਜਸ਼ਨਾਂ ਲਈ ਪੂਰੇ ਦਰਬਾਰ ਸਾਹਿਬ ਪਰਿਸਰ ਨੂੰ ਸੁਗੰਧਿਤ ਫੁੱਲਾਂ ਅਤੇ ਰੰਗ-ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਹੈ। ਸ਼ਾਮ ਨੂੰ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਦੇਸੀ ਘਿਓ ਦੇ ਦੀਵਿਆਂ ਅਤੇ ਮੋਮਬੱਤੀਆਂ ਨਾਲ ਸ਼ਾਨਦਾਰ ਦੀਪਮਾਲਾ ਕੀਤੀ ਜਾਵੇਗੀ। ਇਸ ਤੋਂ ਬਾਅਦ ਰਾਤ ਨੂੰ ਆਤਿਸ਼ਬਾਜ਼ੀ ਕੀਤੀ ਜਾਵੇਗੀ।

Chandigarh

ਪੀ ਸੀ ਐਸ ਪ੍ਰੀਖਿਆ ਮਾਮਲੇ ਵਿੱਚ ਸ਼ੁਭਮ ਸ਼ਰਮਾ ਦੀ ਗ੍ਰਿਫ਼ਤਾਰੀ ਖ਼ਿਲਾਫ਼ ਯੂਥ ਕਾਂਗਰਸ ਵਲੋਂ ਚੰਡੀਗੜ੍ਹ ਵਿੱਚ ਪ੍ਰਦਰਸ਼ਨ

Published

on

By

ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗਿਆ ਅਸਤੀਫ਼ਾ

ਚੰਡੀਗੜ੍ਹ, 23 ਨਵੰਬਰ (ਸ.ਬ.) ਪੰਜਾਬ ਲੋਕ ਸੇਵਾ ਕਮਿਸ਼ਨ ਦੀ ਪ੍ਰੀਖਿਆ ਨਾਲ ਜੁੜੇ ਮਾਮਲੇ ਵਿੱਚ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਸ਼ੁਭਮ ਸ਼ਰਮਾ ਅਤੇ ਉਨ੍ਹਾਂ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਪੰਜਾਬ ਕਾਂਗਰਸ ਨੇ ਅੱਜ ਚੰਡੀਗੜ੍ਹ ਵਿੱਚ ਜੋਰਦਾਰ ਪ੍ਰਦਰਸ਼ਨ ਕੀਤਾ। ਪੰਜਾਬ ਯੂਥ ਕਾਂਗਰਸ ਨੇ ਪ੍ਰੀਖਿਆ ਮਾਮਲੇ, ਨੌਜਵਾਨਾਂ ਦੇ ਭਵਿੱਖ, ਨਸ਼ਿਆਂ ਅਤੇ ਸੂਬਾ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ।

ਇਸ ਦੌਰਾਨ ਆਲ ਇੰਡੀਆ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਉਦੈ ਭਾਨੂ ਚਿਬ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਭਵਨ, ਸੈਕਟਰ-15 ਵਿੱਚ ਪੱਤਰਕਾਰ ਸੰਮੇਲਨ ਤੋਂ ਬਾਅਦ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਅਹੁਦੇਦਾਰਾਂ, ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਧਾਨਾਂ, ਆਗੂਆਂ ਅਤੇ ਵਰਕਰਾਂ ਨੇ ਹਿੱਸਾ ਲਿਆ। ਪ੍ਰਦਰਸ਼ਨ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਦੇ ਨਾਲ ਹੀ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ ਮਾਰਚ ਕੱਢਣ ਦਾ ਐਲਾਨ ਵੀ ਕੀਤਾ ਗਿਆ।

ਪੰਜਾਬ ਯੂਥ ਕਾਂਗਰਸ ਦੇ ਪ੍ਰਦਰਸ਼ਨ ਨੂੰ ਦੇਖਦਿਆਂ ਪੰਜਾਬ ਕਾਂਗਰਸ ਭਵਨ ਅਤੇ ਆਸ-ਪਾਸ ਵੱਡੀ ਗਿਣਤੀ ਵਿੱਚ ਪੁਲੀਸ ਬਲ ਤਾਇਨਾਤ ਕੀਤਾ ਗਿਆ ਸੀ। ਪੁਲੀਸ ਨੇ ਯੂਥ ਕਾਂਗਰਸ ਦੇ ਆਗੂਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਣ ਤੋਂ ਵੀ ਰੋਕ ਦਿੱਤਾ। ਪੁਲੀਸ ਵੱਲੋਂ ਵਾਟਰ ਕੈਨਨ ਅਤੇ ਬੈਰੀਕੇਡ ਵੀ ਲਗਾਏ ਗਏ ਸਨ। ਜਦੋਂ ਯੂਥ ਕਾਂਗਰਸ ਦੇ ਆਗੂਆਂ ਨੇ ਬੈਰੀਕੈਡਾਂ ਤੋਂ ਅੱਗੇ ਜਾਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਵੱਲੋਂ ਆਗੂਆਂ ਤੇ ਪਾਣੀ ਵਛਾੜਾਂ ਚਲਾਈਆਂ ਗਈਆਂ।

ਇਸ ਮੌਕੇ ਉਦੈ ਭਾਨੂ ਚਿਬ ਨੇ ਕਿਹਾ ਕਿ ਪੀ ਪੀ ਐਸ ਸੀ ਪ੍ਰੀਖਿਆ ਮਾਮਲੇ ਵਿੱਚ ਨੌਜਵਾਨਾਂ ਦੀ ਆਵਾਜ਼ ਉਠਾਉਣ ਵਾਲੇ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਸ਼ੁਭਮ ਸ਼ਰਮਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਕੇ ਜੇਲ੍ਹ ਵਿੱਚ ਡੱਕਣਾ ਲੋਕਤੰਤਰੀ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਨੌਜਵਾਨਾਂ ਦੀ ਆਵਾਜ਼ ਦਬਾਉਣ ਲਈ ਪੁਲੀਸ ਦੀ ਵਰਤੋਂ ਕਰ ਰਹੀ ਹੈ। ਪੰਜਾਬ ਵਿੱਚ ਤਾਨਾਸ਼ਾਹੀ ਵਾਲਾ ਮਾਹੌਲ ਬਣਾਇਆ ਜਾ ਰਿਹਾ ਹੈ ਅਤੇ ਗ੍ਰਿਫ਼ਤਾਰੀਆਂ ਰਾਹੀਂ ਨੌਜਵਾਨਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਹਨਾਂ ਇਸ ਪੂਰੇ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਪੀ ਪੀ ਐਸ ਸੀ ਪ੍ਰੀਖਿਆ ਨਾਲ ਜੁੜੇ ਵਿਵਾਦ ਦੀ ਸੱਚਾਈ ਸਾਹਮਣੇ ਆਉਣੀ ਚਾਹੀਦੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਜਦੋਂ ਦਿੱਲੀ ਦੇ ਜੰਤਰ-ਮੰਤਰ ਤੇ ਪ੍ਰਦਰਸ਼ਨ ਤੋਂ ਬਾਅਦ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਉੱਠ ਸਕਦੀ ਹੈ ਤਾਂ ਪੰਜਾਬ ਦੇ ਮੁੱਖ ਮੰਤਰੀ ਜਵਾਬਦੇਹੀ ਤੋਂ ਕਿਉਂ ਬਚ ਰਹੇ ਹਨ?

Continue Reading

Mohali

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਨਗਰ ਕੀਰਤਨ ਦਾ ਆਯੋਜਨ ਕੀਤਾ

Published

on

By

ਐਸ ਏ ਐਸ ਨਗਰ, 23 ਨਵੰਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਨਗਰ ਕੀਰਤਨ ਦਾ ਆਯੋਜਨ ਵਿੱਚ ਕੀਤਾ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਅਰੰਭ ਹੋ ਕੇ ਪੂਰੇ ਇਲਾਕੇ ਦੀ ਪ੍ਰਕਰਮਾ ਕਰਦਾ ਹੋਇਆ, ਗੁਰਦੁਆਰਾ ਸਾਹਿਬ ਵਿੱਚ ਹੀ ਸਮਾਪਤ ਹੋਇਆ।

ਨਗਰ ਕੀਰਤਨ ਵਿੱਚ ਸ਼ੀਸ਼ੇ ਦੀ ਆਲੀਸ਼ਾਨ ਪਾਲਕੀ ਸਾਹਿਬ ਜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਬਿਰਾਜਮਾਨ ਕਰਵਾਏ ਗਏ ਸਨ। ਪਾਲਕੀ ਸਾਹਿਬ ਜੀ ਨੂੰ ਫੁੱਲਾਂ ਨਾਲ ਸਜਾਇਆ ਗਿਆ ਸੀ। ਪਾਲਕੀ ਸਾਹਿਬ ਜੀ ਦੇ ਪਿੱਛੇ ਰਾਗੀ ਸਿੰਘਾਂ ਅਤੇ ਸੰਗਤਾਂ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਦਾ ਗਾਇਨ ਕੀਤਾ ਜਾ ਰਿਹਾ ਸੀ।

ਨਗਰ ਕੀਰਤਨ ਵਿੱਚ ਕਈ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਸ਼ਮੂਲੀਅਤ ਕੀਤੀ। ਫੌਜੀ ਬੈਂਡ, ਸਕੂਲੀ ਬੱਚਿਆਂ ਦੇ ਬੈਂਡ ਅਤੇ ਹੋਰ ਕਈ ਬੈਂਡ ਵਾਲਿਆਂ ਨੇ ਨਗਰ ਕੀਰਤਨ ਦੀ ਸ਼ੋਭਾ ਵਧਾਈ। ਨਗਰ ਕੀਰਤਨ ਦੇ ਪੂਰੇ ਰਸਤੇ ਨੂੰ ਸਵਾਗਤੀ ਗੇਟਾਂ ਨਾਲ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਨਗਰ ਕੀਰਤਨ ਦਾ ਥਾਂ ਥਾਂ ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜਰੀ ਲਗਵਾਈ। ਸੰਗਤਾਂ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਂਟ ਕੀਤੇ ਗਏ ਅਤੇ ਸੰਗਤਾਂ ਵੱਲੋਂ ਥਾਂ ਥਾਂ ਤੇ ਚਾਹ, ਬ੍ਰੈਡ ਪਕੌੜੇ, ਮਠਿਆਈਆਂ, ਸੁੱਕੇ ਮੇਵਿਆਂ ਦਾ ਪ੍ਰਸ਼ਾਦ ਅਤੁੱਟ ਵਰਤਾਇਆ ਗਿਆ।

Continue Reading

Mohali

ਮੁਹਾਲੀ ਵਿੱਚ ਦਿਨ-ਦਿਹਾੜੇ ਵਾਪਰਦੀਆਂ ਗੋਲੀਆਂ ਚਲਣ ਦੀਆਂ ਵਾਰਦਾਤਾਂ ਨੇ ਸ਼ਹਿਰ ਵਾਸੀਆਂ ਵਿੱਚ ਦਹਿਸ਼ਤ ਪੈਦਾ ਕੀਤੀ : ਕੁਲਜੀਤ ਸਿੰਘ ਬੇਦੀ

Published

on

By

ਐਸ ਏ ਐਸ ਨਗਰ, 23 ਨਵੰਬਰ (ਸ.ਬ.) ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਮੁਹਾਲੀ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਵਿਗੜਦੀ ਸਥਿਤੀ ਅਤੇ ਲਗਾਤਾਰ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਸ਼ਹਿਰ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਨ ਲੱਗ ਪਏ ਹਨ ਅਤੇ ਪੁਲੀਸ ਪ੍ਰਸ਼ਾਸਨ ਨੂੰ ਇਸ ਸਥਿਤੀ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ।

ਇੱਥੇ ਜਾਰੀ ਬਿਆਨ ਵਿੱਚ ਸz. ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਹਾਲ ਹੀ ਵਿੱਚ ਮੁਹਾਲੀ ਵਿੱਚ ਦੋ ਵੱਖ-ਵੱਖ ਥਾਵਾਂ ਤੇ ਫਾਇਰਿੰਗ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਪਹਿਲਾਂ ਇੱਕ ਆਰਕੀਟੈਕਟ ਦੇ ਫੇਜ਼-11 ਸਥਿਤ ਘਰ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਇਸ ਤੋਂ ਬਾਅਦ ਸੈਕਟਰ-79 ਸਥਿਤ ਹੇਅਰ ਮਾਸਟਰ ਸੈਲੂਨ ਤੇ ਗੋਲੀਆਂ ਚਲਾਈਆਂ ਗਈਆਂ। ਉਹਨਾਂ ਕਿਹਾ ਕਿ ਖੁਸ਼ਕਿਸਮਤੀ ਨਾਲ ਇਨ੍ਹਾਂ ਘਟਨਾਵਾਂ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਲੋਕਾਂ ਦੇ ਮਨਾਂ ਵਿੱਚ ਡਰ ਦਾ ਮਾਹੌਲ ਜ਼ਰੂਰ ਪੈਦਾ ਹੋਇਆ ਹੈ।

ਉਨ੍ਹਾਂ ਕਿਹਾ ਕਿ ਹੈਰਾਨੀਜਨਕ ਗੱਲ ਇਹ ਹੈ ਕਿ ਇਸੇ ਸੈਲੂਨ ਤੇ ਪਹਿਲਾਂ ਵੀ 2 ਸਤੰਬਰ ਨੂੰ ਫਾਇਰਿੰਗ ਹੋ ਚੁੱਕੀ ਹੈ ਅਤੇ ਇੱਕੋ ਕਾਰੋਬਾਰੀ ਅਦਾਰੇ ਨੂੰ ਵਾਰ-ਵਾਰ ਨਿਸ਼ਾਨਾ ਬਣਾਇਆ ਜਾਣਾ ਪੁਲੀਸ ਦੀ ਕਾਰਜਪ੍ਰਣਾਲੀ ਅਤੇ ਅਪਰਾਧੀਆਂ ਵਿੱਚ ਕਾਨੂੰਨ ਦਾ ਡਰ ਹੋਣ ਸਬੰਧੀ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਜੇਕਰ ਅਪਰਾਧੀ ਵਾਰ-ਵਾਰ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਹਿੰਮਤ ਕਰ ਰਹੇ ਹਨ ਤਾਂ ਇਹ ਸ਼ਹਿਰ ਦੀ ਸੁਰੱਖਿਆ ਵਿਵਸਥਾ ਲਈ ਚਿੰਤਾ ਦਾ ਵਿਸ਼ਾ ਹੈ।

ਉਹਨਾਂ ਕਿਹਾ ਕਿ ਸ਼ਹਿਰ ਵਿੱਚ ਸਨੈਚਿੰਗ ਦੀਆਂ ਘਟਨਾਵਾਂ ਵੀ ਲੋਕਾਂ ਲਈ ਵੱਡੀ ਸਮੱਸਿਆ ਬਣ ਰਹੀਆਂ ਹਨ। ਮੋਟਰਸਾਈਕਲ ਸਵਾਰ ਸਨੈਚਰ ਥਾਂ-ਥਾਂ ਘੁੰਮਦੇ ਹਨ ਅਤੇ ਖ਼ਾਸ ਕਰਕੇ ਔਰਤਾਂ ਨੂੰ ਨਿਸ਼ਾਨਾ ਬਣਾਉਂਦੇ ਹਨ। ਇਸ ਤੋਂ ਇਲਾਵਾ ਨਸ਼ਿਆਂ ਦਾ ਵਧਦਾ ਪ੍ਰਭਾਵ ਵੀ ਸਮਾਜ ਲਈ ਗੰਭੀਰ ਚੁਣੌਤੀ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਅਤੇ ਅਪਰਾਧ ਇੱਕ-ਦੂਜੇ ਨਾਲ ਜੁੜੀਆਂ ਸਮੱਸਿਆਵਾਂ ਹਨ, ਇਸ ਲਈ ਇਨ੍ਹਾਂ ਵਿਰੁੱਧ ਠੋਸ ਕਾਰਵਾਈ ਦੀ ਲੋੜ ਹੈ।

ਉਹਨਾਂ ਕਿਹਾ ਕਿ ਮੁਹਾਲੀ ਵਿੱਚ ਸਿਰਫ਼ ਅਮਨ-ਕਾਨੂੰਨ ਦੀ ਸਥਿਤੀ ਹੀ ਨਹੀਂ, ਬਲਕਿ ਟ੍ਰੈਫਿਕ ਵਿਵਸਥਾ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਸ਼ਹਿਰ ਦੀ ਆਬਾਦੀ, ਵਾਹਨਾਂ ਦੀ ਗਿਣਤੀ ਅਤੇ ਬਾਹਰੋਂ ਆਉਣ-ਜਾਣ ਵਾਲੇ ਲੋਕਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਪਰ ਉਸ ਅਨੁਪਾਤ ਵਿੱਚ ਟ੍ਰੈਫਿਕ ਪ੍ਰਬੰਧਨ ਅਤੇ ਪੁਲੀਸ ਦੀ ਨਫ਼ਰੀ ਵਿੱਚ ਵਾਧਾ ਨਹੀਂ ਕੀਤਾ ਗਿਆ। ਸ਼ਹਿਰ ਦੇ ਮੁੱਖ ਚੌਕਾਂ, ਬਾਜ਼ਾਰਾਂ ਅਤੇ ਸੜਕਾਂ ਤੇ ਅਕਸਰ ਟ੍ਰੈਫਿਕ ਜਾਮ ਦੀ ਸਥਿਤੀ ਬਣੀ ਰਹਿੰਦੀ ਹੈ। ਕਈ ਵਾਰ ਲੋਕਾਂ ਨੂੰ ਆਪਣੀ ਮੰਜ਼ਿਲ ਤੇ ਪਹੁੰਚਣ ਲਈ ਕਾਫ਼ੀ ਸਮਾਂ ਸੜਕਾਂ ਤੇ ਹੀ ਬਿਤਾਉਣਾ ਪੈਂਦਾ ਹੈ।

ਉਨ੍ਹਾਂ ਕਿਹਾ ਕਿ ਪੁਲੀਸ ਦੀ ਨਫ਼ਰੀ ਬਹੁਤ ਘੱਟ ਹੈ ਅਤੇ ਮੁਹਾਲੀ ਵਿੱਚ ਤਾਇਨਾਤ ਪੁਲੀਸ ਮੁਲਾਜ਼ਮਾਂ ਦਾ ਵੱਡਾ ਹਿੱਸਾ ਵੀਆਈਪੀ ਡਿਊਟੀਆਂ ਅਤੇ ਹੋਰ ਵਿਸ਼ੇਸ਼ ਡਿਊਟੀਆਂ ਵਿੱਚ ਹੀ ਰੁੱਝਿਆ ਰਹਿੰਦਾ ਹੈ। ਇਸ ਕਾਰਨ ਆਮ ਲੋਕਾਂ ਦੀ ਸੁਰੱਖਿਆ, ਰਾਤ ਦੀ ਗਸ਼ਤ, ਪੈਟਰੋਲਿੰਗ ਅਤੇ ਟ੍ਰੈਫਿਕ ਕੰਟਰੋਲ ਲਈ ਲੋੜੀਂਦੀ ਪੁਲੀਸ ਉਪਲਬਧ ਨਹੀਂ ਰਹਿੰਦੀ।

ਉਨ੍ਹਾਂ ਪੁਲੀਸ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਹਾਲੀ ਵਿੱਚ ਪੁਲੀਸ ਦੀ ਨਫ਼ਰੀ ਤੁਰੰਤ ਵਧਾਈ ਜਾਵੇ, ਵੀ ਆਈ ਪੀ ਡਿਊਟੀਆਂ ਦੇ ਨਾਲ-ਨਾਲ ਆਮ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾਵੇ, ਸੰਵੇਦਨਸ਼ੀਲ ਇਲਾਕਿਆਂ ਵਿੱਚ ਰਾਤ ਦੀ ਗਸ਼ਤ ਵਧਾਈ ਜਾਵੇ ਅਤੇ ਸਨੈਚਿੰਗ ਤੇ ਫਾਇਰਿੰਗ ਦੀਆਂ ਘਟਨਾਵਾਂ ਵਿੱਚ ਸ਼ਾਮਲ ਅਪਰਾਧੀਆਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ।

Continue Reading

Latest News

Trending