Chandigarh
ਅਕਾਲੀ ਦਲ, ਆਪ ਅਤੇ ਸੀ. ਪੀ. ਆਈ. ਦੇ ਆਗੂ ਕਾਂਗਰਸ ਵਿੱਚ ਸ਼ਾਮਲ
ਚੰਡੀਗੜ੍ਹ, 25 ਨਵੰਬਰ (ਸ.ਬ.) ਸੂਬੇ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਪ੍ਰਮੁੱਖ ਆਗੂਆਂ ਅਤੇ ਪੁਰਾਣੇ ਟਕਸਾਲੀ ਵਰਕਰਾਂ ਨੇ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ ਹੈ। ਇਸ ਸੰਬੰਧੀ ਚੰਡੀਗੜ੍ਹ ਵਿਖੇ ਹੋਈ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਵਿਧਾਇਕ ਪਰਗਟ ਸਿੰਘ ਨੇ ਇਨ੍ਹਾਂ ਆਗੂਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਦੀ ਸ਼ਮੂਲੀਅਤ ਨਾਲ ਪਾਰਟੀ ਨੂੰ ਹੇਠਲੇ ਪੱਧਰ ਤੇ ਵੱਡੀ ਮਜ਼ਬੂਤੀ ਮਿਲੇਗੀ। ਉਹਨਾਂ ਕਿਹਾ ਕਿ ਸੂਬੇ ਦੇ ਲੋਕ ਮੌਜੂਦਾ ਹਾਲਾਤ ਤੋਂ ਅੱਕ ਚੁੱਕੇ ਹਨ ਅਤੇ ਮੁੜ ਤੋਂ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਕਾਂਗਰਸ ਪਾਰਟੀ ਵੱਲ ਉਮੀਦ ਭਰੀਆਂ ਨਜ਼ਰਾਂ ਨਾਲ ਦੇਖ ਰਹੇ ਹਨ।
ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਵਿੱਚ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਬੇਹੱਦ ਕਰੀਬੀ ਰਹੇ ਪਰਮਜੀਤ ਸਿੰਘ ਤੋਂ ਇਲਾਵਾ ਫਰੀਦਕੋਟ ਇਲਾਕੇ ਨਾਲ ਸਬੰਧਤ ਸੀ.ਪੀ.ਆਈ. ਆਗੂ ਪਵਨਪ੍ਰੀਤ ਸਿੰਘ, ਸੱਤਾਧਾਰੀ ਆਮ ਆਦਮੀ ਪਾਰਟੀ ਦੇ ਮਲੋਟ ਤੋਂ ਸਰਪੰਚ ਭੁਪਿੰਦਰ ਸਿੰਘ ਦਾ ਨਾਮ ਸ਼ਾਮਿਲ ਹੈ।
ਇਸਤੋਂ ਇਲਾਵਾ ਪਾਰਟੀ ਨੂੰ ਛੱਡ ਕੇ ਗਏ ਕਈ ਪੁਰਾਣੇ ਆਗੂਆਂ ਦੀ ‘ਘਰ ਵਾਪਸੀ’ ਵੀ ਹੋਈ ਹੈ। ਇਸੇ ਕੜੀ ਤਹਿਤ ਬੀਬੀ ਰੂਪ ਕੌਰ ਬਾਗੜੀਆਂ ਅਤੇ ਹੁਸ਼ਿਆਰਪੁਰ ਹਲਕੇ ਤੋਂ ਕੈਪਟਨ ਆਰ. ਐਸ. ਪਠਾਨੀਆ ਨੇ ਵੀ ਮੁੜ ਕਾਂਗਰਸ ਦਾ ਹੱਥ ਫੜ ਲਿਆ ਹੈ। ਇਸਦੇ ਨਾਲ ਹੀ ਵਿਦੇਸ਼ ਦੀ ਧਰਤੀ ਤੋਂ ਪੰਜਾਬ ਦੀ ਸਿਆਸਤ ਵਿੱਚ ਸਰਗਰਮ ਹੋਏ ਗੌਰਵਜੀਤ ਰੰਧਾਵਾ ਵੀ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਜ਼ਿਕਰਯੋਗ ਹੈ ਕਿ ਗੌਰਵਜੀਤ ਰੰਧਾਵਾ ਦੇ ਪਿਤਾ ਵੀ ਪੰਜਾਬ ਦੇ ਵਿਧਾਇਕ ਰਹਿ ਚੁੱਕੇ ਹਨ।
ਪਰਗਟ ਸਿੰਘ ਨੇ ਸਾਰੇ ਨਵੇਂ ਸ਼ਾਮਲ ਹੋਏ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਸਾਰਿਆਂ ਨੂੰ ਨਾਲ ਲੈ ਕੇ ਪੰਜਾਬ ਦੇ ਹੱਕਾਂ ਦੀ ਲੜਾਈ ਲੜੀ ਜਾਵੇਗੀ।
Chandigarh
ਪੰਜਾਬ ਪੁਲੀਸ ਵਿੱਚ ਵੱਡਾ ਫੇਰਬਦਲ, 31 ਆਈਪੀਐਸ ਤੇ ਪੀਪੀਐਸ ਅਧਿਕਾਰੀਆਂ ਦੇ ਤਬਾਦਲੇ
ਕਈ ਜ਼ਿਲ੍ਹਿਆਂ ਦੇ ਐਸ ਐਸ ਪੀ ਤੇ ਕਮਿਸ਼ਨਰ ਬਦਲੇ ਗਏ
ਚੰਡੀਗੜ੍ਹ, 25 ਨਵੰਬਰ (ਸ.ਬ.) ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਪ੍ਰਸ਼ਾਸਨਿਕ ਆਧਾਰ ਤੇ ਪੁਲੀਸ ਮਹਿਕਮੇ ਵਿੱਚ ਵੱਡਾ ਫੇਰਬਦਲ ਕਰਦਿਆਂ 31 ਆਈ ਪੀ ਐਸ ਤੇ ਪੀ ਪੀ ਐਸ ਅਧਿਕਾਰੀਆਂ ਦੇ ਤਬਾਦਲਿਆਂ ਤੇ ਨਵੀਆਂ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ ਅਤੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਆਪਣੇ ਨਵੇਂ ਅਹੁਦਿਆਂ ਦਾ ਕਾਰਜਭਾਰ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।
ਜਾਰੀ ਹੁਕਮਾਂ ਅਨੁਸਾਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਜਲੰਧਰ ਦਾ ਪੁਲੀਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ, ਜਦੋਂਕਿ ਸਤਿੰਦਰ ਸਿੰਘ ਨੂੰ ਲੁਧਿਆਣਾ ਦਾ ਪੁਲੀਸ ਕਮਿਸ਼ਨਰ ਬਣਾਇਆ ਗਿਆ ਹੈ। ਕੁਲਦੀਪ ਸਿੰਘ ਨੂੰ ਅੰਮ੍ਰਿਤਸਰ ਦਾ ਪੁਲੀਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਹਰਮਨਬੀਰ ਸਿੰਘ ਨੂੰ ਬਾਰਡਰ ਰੇਂਜ ਅੰਮ੍ਰਿਤਸਰ ਦਾ ਡੀ ਆਈ ਜੀ ਅਤੇ ਸਵਪਨ ਸ਼ਰਮਾ ਨੂੰ ਰੋਪੜ ਰੇਂਜ ਦਾ ਡੀ ਆਈ ਜੀ ਲਗਾਇਆ ਗਿਆ ਹੈ।
ਜਗਦਾਲੇ ਨੀਲਾਂਬਰੀ ਵਿਜੇ ਨੂੰ ਜਲੰਧਰ ਰੇਂਜ ਦੀ ਆਈ ਜੀ ਪੀ ਅਤੇ ਨਵੀਨ ਸਿੰਗਲਾ ਨੂੰ ਫਰੀਦਕੋਟ ਰੇਂਜ ਦਾ ਡੀ ਆਈ ਜੀ ਨਿਯੁਕਤ ਕੀਤਾ ਗਿਆ ਹੈ। ਹਰਜੀਤ ਸਿੰਘ ਨੂੰ ਡੀ ਆਈ ਜੀ ਬਠਿੰਡਾ ਰੇਂਜ, ਸਨੇਹਦੀਪ ਸ਼ਰਮਾ ਨੂੰ ਡੀ ਆਈ ਜੀ ਫਿਰੋਜ਼ਪੁਰ ਰੇਂਜ ਅਤੇ ਅਮਨੀਤ ਕੌਂਡਲ ਨੂੰ ਡੀ ਆਈ ਜੀ ਪਟਿਆਲਾ ਰੇਂਜ ਨਿਯੁਕਤ ਕੀਤਾ ਗਿਆ ਹੈ। ਡਾ. ਨਾਨਕ ਸਿੰਘ ਨੂੰ ਟੈਕਨੀਕਲ ਸਰਵਿਸਿਜ਼ ਚੰਡੀਗੜ੍ਹ ਵਿੱਚ ਡੀ ਆਈ ਜੀ ਅਤੇ ਗੁਰਮੀਤ ਸਿੰਘ ਚੌਹਾਨ ਨੂੰ ਪ੍ਰੋਵੀਜ਼ਨਿੰਗ ਚੰਡੀਗੜ੍ਹ ਵਿੱਚ ਡੀਆਈਜੀ ਦੇ ਅਹੁਦੇ ਤੇ ਤਾਇਨਾਤ ਕੀਤਾ ਗਿਆ ਹੈ।
ਇਸ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਦੇ ਐਸ ਐਸ ਪੀ ਵੀ ਤਬਦੀਲ ਕੀਤੇ ਗਏ ਹਨ। ਸੁਰਿੰਦਰ ਲਾਂਬਾ ਨੂੰ ਸੰਗਰੂਰ, ਚਰਨਜੀਤ ਸਿੰਘ ਨੂੰ ਲੁਧਿਆਣਾ ਦਿਹਾਤੀ, ਰਵਜੋਤ ਗਰੇਵਾਲ ਨੂੰ ਵਿਜੀਲੈਂਸ ਬਿਊਰੋ ਐਸ ਏ ਐਸ ਨਗਰ, ਅੰਕੁਰ ਗੁਪਤਾ ਨੂੰ ਫਰੀਦਕੋਟ, ਅਸ਼ਵਨੀ ਗੋਤਿਆਲ ਨੂੰ ਫਿਰੋਜ਼ਪੁਰ, ਵਤਸਲਾ ਗੁਪਤਾ ਨੂੰ ਐਸ ਬੀ ਐਸ ਨਗਰ, ਡਾ. ਪ੍ਰਗਿਆ ਜੈਨ ਨੂੰ ਅੰਮ੍ਰਿਤਸਰ ਦਿਹਾਤੀ, ਤੁਸ਼ਾਰ ਗੁਪਤਾ ਨੂੰ ਗੁਰਦਾਸਪੁਰ, ਅਜੈ ਗਾਂਧੀ ਨੂੰ ਤਰਨਤਾਰਨ, ਮਨਿੰਦਰ ਸਿੰਘ ਨੂੰ ਰੋਪੜ, ਭੁਪਿੰਦਰ ਸਿੰਘ ਨੂੰ ਮਾਲੇਰਕੋਟਲਾ ਅਤੇ ਹਰਕਮਲਪ੍ਰੀਤ ਸਿੰਘ ਖੱਖ ਨੂੰ ਜਲੰਧਰ ਦਿਹਾਤੀ ਦਾ ਐਸ ਐਸ ਪੀ ਨਿਯੁਕਤ ਕੀਤਾ ਗਿਆ ਹੈ। ਇਸਦੇ ਨਾਲ ਹੀ ਕੁਝ ਹੋਰ ਅਧਿਕਾਰੀਆਂ ਦੀਆਂ ਸੇਵਾਵਾਂ ਵਿਜੀਲੈਂਸ ਬਿਊਰੋ ਨੂੰ ਸੌਂਪੀਆਂ ਗਈਆਂ ਹਨ।
Chandigarh
ਹੁਣ ਕਿਹੜੇ ਮੂੰਹ ਨਾਲ ਇਕੱਠੇ ਹੋ ਰਹੇ ਹਨ ਅਕਾਲੀ ਅਤੇ ਭਾਜਪਾ : ਭਗਵੰਤ ਸਿੰਘ ਮਾਨ
ਚੰਡੀਗੜ੍ਹ, 24 ਨਵੰਬਰ (ਸ.ਬ.) ਪੰਜਾਬ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਇਕੱਠੇ ਹੋਣ ਤੋਂ ਬਾਅਦ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਭਾਜਪਾ ਗੱਠਜੋੜ ਤੇ ਸਵਾਲ ਚੁੱਕਦਿਆਂ ਕਿਹਾ ਹੈ ਕਿ ਅਕਾਲੀ ਦਲ ਵਾਲੇ ਹੁਣ ਕਿਹੜੇ ਮੂੰਹ ਨਾਲ ਭਾਜਪਾ ਨਾਲ ਗੱਠਜੋੜ ਕਰ ਰਹੇ ਹਨ? ਕੀ ਉਨ੍ਹਾਂ ਨੂੰ ਲੱਗਦਾ ਹੈ ਕਿ ਲੋਕ ਸਭ ਕੁਝ ਭੁੱਲ ਗਏ ਹਨ? ਦੋਵਾਂ ਪਾਰਟੀਆਂ ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਥੋੜ੍ਹਾ-ਬਹੁਤ ਲੋਕਾਂ ਸਾਹਮਣੇ ਮੂੰਹ ਦਿਖਾਉਣ ਜੋਗਾ ਤਾਂ ਰੱਖ ਲਓ।
ਮੁੱਖ ਮੰਤਰੀ ਮਾਨ ਨੇ ਦੋਸ਼ ਲਾਇਆ ਕਿ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਪੰਜਾਬ ਵਿੱਚ ਨਸ਼ੇ ਦਾ ਫੈਲਾਅ ਹੋਇਆ ਅਤੇ ਤਿੰਨ ਖੇਤੀ ਕਾਨੂੰਨਾਂ ਦੇ ਮੁੱਦੇ ਤੇ ਵੀ ਲੋਕਾਂ ਨੇ ਉਨ੍ਹਾਂ ਦਾ ਰਵੱਈਆ ਦੇਖਿਆ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਭਾਜਪਾ ਨੇ ਪੰਜਾਬ ਦੇ ਪਾਣੀਆਂ ਤੇ ਹੱਕ ਖੋਹਣ ਦੀ ਕੋਸ਼ਿਸ਼ ਕੀਤੀ ਸੀ।
Chandigarh
ਪੀ ਸੀ ਐਸ ਪ੍ਰੀਖਿਆ ਮਾਮਲੇ ਵਿੱਚ ਸ਼ੁਭਮ ਸ਼ਰਮਾ ਦੀ ਗ੍ਰਿਫ਼ਤਾਰੀ ਖ਼ਿਲਾਫ਼ ਯੂਥ ਕਾਂਗਰਸ ਵਲੋਂ ਚੰਡੀਗੜ੍ਹ ਵਿੱਚ ਪ੍ਰਦਰਸ਼ਨ
ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗਿਆ ਅਸਤੀਫ਼ਾ
ਚੰਡੀਗੜ੍ਹ, 23 ਨਵੰਬਰ (ਸ.ਬ.) ਪੰਜਾਬ ਲੋਕ ਸੇਵਾ ਕਮਿਸ਼ਨ ਦੀ ਪ੍ਰੀਖਿਆ ਨਾਲ ਜੁੜੇ ਮਾਮਲੇ ਵਿੱਚ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਸ਼ੁਭਮ ਸ਼ਰਮਾ ਅਤੇ ਉਨ੍ਹਾਂ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਪੰਜਾਬ ਕਾਂਗਰਸ ਨੇ ਅੱਜ ਚੰਡੀਗੜ੍ਹ ਵਿੱਚ ਜੋਰਦਾਰ ਪ੍ਰਦਰਸ਼ਨ ਕੀਤਾ। ਪੰਜਾਬ ਯੂਥ ਕਾਂਗਰਸ ਨੇ ਪ੍ਰੀਖਿਆ ਮਾਮਲੇ, ਨੌਜਵਾਨਾਂ ਦੇ ਭਵਿੱਖ, ਨਸ਼ਿਆਂ ਅਤੇ ਸੂਬਾ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ।
ਇਸ ਦੌਰਾਨ ਆਲ ਇੰਡੀਆ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਉਦੈ ਭਾਨੂ ਚਿਬ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਭਵਨ, ਸੈਕਟਰ-15 ਵਿੱਚ ਪੱਤਰਕਾਰ ਸੰਮੇਲਨ ਤੋਂ ਬਾਅਦ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਅਹੁਦੇਦਾਰਾਂ, ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਧਾਨਾਂ, ਆਗੂਆਂ ਅਤੇ ਵਰਕਰਾਂ ਨੇ ਹਿੱਸਾ ਲਿਆ। ਪ੍ਰਦਰਸ਼ਨ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਦੇ ਨਾਲ ਹੀ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ ਮਾਰਚ ਕੱਢਣ ਦਾ ਐਲਾਨ ਵੀ ਕੀਤਾ ਗਿਆ।
ਪੰਜਾਬ ਯੂਥ ਕਾਂਗਰਸ ਦੇ ਪ੍ਰਦਰਸ਼ਨ ਨੂੰ ਦੇਖਦਿਆਂ ਪੰਜਾਬ ਕਾਂਗਰਸ ਭਵਨ ਅਤੇ ਆਸ-ਪਾਸ ਵੱਡੀ ਗਿਣਤੀ ਵਿੱਚ ਪੁਲੀਸ ਬਲ ਤਾਇਨਾਤ ਕੀਤਾ ਗਿਆ ਸੀ। ਪੁਲੀਸ ਨੇ ਯੂਥ ਕਾਂਗਰਸ ਦੇ ਆਗੂਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਣ ਤੋਂ ਵੀ ਰੋਕ ਦਿੱਤਾ। ਪੁਲੀਸ ਵੱਲੋਂ ਵਾਟਰ ਕੈਨਨ ਅਤੇ ਬੈਰੀਕੇਡ ਵੀ ਲਗਾਏ ਗਏ ਸਨ। ਜਦੋਂ ਯੂਥ ਕਾਂਗਰਸ ਦੇ ਆਗੂਆਂ ਨੇ ਬੈਰੀਕੈਡਾਂ ਤੋਂ ਅੱਗੇ ਜਾਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਵੱਲੋਂ ਆਗੂਆਂ ਤੇ ਪਾਣੀ ਵਛਾੜਾਂ ਚਲਾਈਆਂ ਗਈਆਂ।
ਇਸ ਮੌਕੇ ਉਦੈ ਭਾਨੂ ਚਿਬ ਨੇ ਕਿਹਾ ਕਿ ਪੀ ਪੀ ਐਸ ਸੀ ਪ੍ਰੀਖਿਆ ਮਾਮਲੇ ਵਿੱਚ ਨੌਜਵਾਨਾਂ ਦੀ ਆਵਾਜ਼ ਉਠਾਉਣ ਵਾਲੇ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਸ਼ੁਭਮ ਸ਼ਰਮਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਕੇ ਜੇਲ੍ਹ ਵਿੱਚ ਡੱਕਣਾ ਲੋਕਤੰਤਰੀ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਨੌਜਵਾਨਾਂ ਦੀ ਆਵਾਜ਼ ਦਬਾਉਣ ਲਈ ਪੁਲੀਸ ਦੀ ਵਰਤੋਂ ਕਰ ਰਹੀ ਹੈ। ਪੰਜਾਬ ਵਿੱਚ ਤਾਨਾਸ਼ਾਹੀ ਵਾਲਾ ਮਾਹੌਲ ਬਣਾਇਆ ਜਾ ਰਿਹਾ ਹੈ ਅਤੇ ਗ੍ਰਿਫ਼ਤਾਰੀਆਂ ਰਾਹੀਂ ਨੌਜਵਾਨਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਹਨਾਂ ਇਸ ਪੂਰੇ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਪੀ ਪੀ ਐਸ ਸੀ ਪ੍ਰੀਖਿਆ ਨਾਲ ਜੁੜੇ ਵਿਵਾਦ ਦੀ ਸੱਚਾਈ ਸਾਹਮਣੇ ਆਉਣੀ ਚਾਹੀਦੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਜਦੋਂ ਦਿੱਲੀ ਦੇ ਜੰਤਰ-ਮੰਤਰ ਤੇ ਪ੍ਰਦਰਸ਼ਨ ਤੋਂ ਬਾਅਦ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਉੱਠ ਸਕਦੀ ਹੈ ਤਾਂ ਪੰਜਾਬ ਦੇ ਮੁੱਖ ਮੰਤਰੀ ਜਵਾਬਦੇਹੀ ਤੋਂ ਕਿਉਂ ਬਚ ਰਹੇ ਹਨ?
-
International1 month agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International2 months agoਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਮਿਲਟਰੀ ਬੇਸ ਤੇ ਅੱਗ ਲੱਗਣ ਕਾਰਨ 4 ਫ਼ੌਜੀ ਜਵਾਨ ਸ਼ਹੀਦ, 39 ਜ਼ਖਮੀ
-
International1 month agoਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ
-
Chandigarh1 month ago
ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਹੋਈ ਪਹਿਲੀ ਗ੍ਰਿਫਤਾਰੀ
-
International2 months agoਪਨਾਮਾ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਕਈ ਇਮਾਰਤਾਂ ਢਹਿ ਢੇਰੀ
-
International1 month agoਸਾਊਦੀ ਅਰਬ ਵਿੱਚ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਹਮਲਾ, 1 ਵਿਅਕਤੀ ਦੀ ਮੌਤ, 8 ਗੰਭੀਰ ਜ਼ਖਮੀ
