Punjab
ਧੁੰਦ ਕਾਰਨ ਆਪਸ ਵਿੱਚ ਟਕਰਾਏ ਤਿੰਨ ਵਾਹਨ, ਇੱਕ ਵਿਅਕਤੀ ਗੰਭੀਰ ਜ਼ਖ਼ਮੀ
ਨਵਾਂਸ਼ਹਿਰ, 20 ਨਵੰਬਰ (ਸ.ਬ.) ਨਵਾਂਸ਼ਹਿਰ ਦੇ ਰੂਪਨਗਰ ਨੈਸ਼ਨਲ ਹਾਈਵੇ ਤੇ ਪਿੰਡ ਭਰਥਲਾ ਨੇੜੇ ਇਕ ਟਰੱਕ ਨੇ ਅੱਗੇ ਜਾ ਰਹੀ ਹੌਂਡਾ ਸਿਟੀ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਕਾਰ ਜਾ ਰਹੇ ਮੋਟਰਸਾਈਕਲ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਸੂਚਨਾ ਤੋਂ ਬਾਅਦ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਰੋਡ ਸੇਫਟੀ ਫੋਰਸ ਟੀਮ ਦੇ ਇੰਚਾਰਜ ਏ.ਐਸ.ਆਈ ਕੁਲਦੀਪ ਕੁਮਾਰ ਨੇ ਦੱਸਿਆ ਕਿ ਰਾਹਗੀਰਾਂ ਤੋਂ ਸੂਚਨਾ ਮਿਲਣ ਦੇ ਬਾਅਦ ਉਹ ਟੀਮ ਸਮੇਤ ਮੌਕੇ ਤੇ ਪਹੁੰਚੇ ਅਤੇ ਜਾਂਚ ਕਰਨ ਤੇ ਪਤਾ ਲੱਗਾ ਟਰੱਕ ਜਦੋਂ ਭਰਥਲਾ ਪਿੰਡ ਨੇੜੇ ਪੁੱਜਾ ਤਾਂ ਟਰੱਕ ਨੇ ਆਪਣਾ ਸੰਤੁਲਨ ਗੁਆ ਦਿੱਤਾ ਅਤੇ ਅੱਗੇ ਜਾ ਰਹੀ ਹੌਂਡਾ ਸਿਟੀ ਕਾਰ ਨੂੰ ਟੱਕਰ ਮਾਰ ਦਿੱਤੀ। ਕਾਰ ਨੂੰ ਬਲਵੀਰ ਸਿੰਘ ਵਾਸੀ ਅੰਮ੍ਰਿਤਸਰ ਚਲਾ ਰਿਹਾ ਸੀ।
ਉਸ ਨੇ ਦੱਸਿਆ ਕਿ ਟਰੱਕ ਨਾਲ ਟਕਰਾਉਣ ਤੋਂ ਬਾਅਦ ਕਾਰ ਬੇਕਾਬੂ ਹੋ ਕੇ ਅੱਗੇ ਜਾ ਰਹੇ ਮੋਟਰਸਾਈਕਲ ਨਾਲ ਟਕਰਾ ਗਈ। ਮੋਟਰਸਾਈਕਲ ਸਵਾਰ ਓਮਨਾਥ ਵਾਸੀ ਸੁਰਪੁਰ ਥਾਣਾ ਕਾਠਗੜ੍ਹ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਸਮੇਂ ਨੌਜਵਾਨ ਡਿਊਟੀ ਤੇ ਜਾ ਰਿਹਾ ਸੀ। ਉਸ ਦਾ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਐਸਐਸਐਫ ਦੀ ਟੀਮ ਨੇ ਜ਼ਖ਼ਮੀ ਓਮਨਾਥ ਨੂੰ ਐਂਬੂਲੈਂਸ ਰਾਹੀਂ ਇਲਾਜ ਲਈ ਸਿਵਲ ਹਸਪਤਾਲ ਰੋਪੜ ਭੇਜਿਆ। ਇਸ ਦੌਰਾਨ ਵਿਘਨ ਪਈ ਆਵਾਜਾਈ ਨੂੰ ਸੁਚਾਰੂ ਕਰਵਾਇਆ ਗਿਆ।
Chandigarh
ਬਸਤੀਵਾਦੀ ਯੁੱਗ ਦੇ ਕਾਨੂੰਨਾਂ ਦਾ ਅੰਤ ਦਰਸਾਉਂਦੇ ਹਨ ਨਵੇਂ ਕਾਨੂੰਨ : ਨਰਿੰਦਰ ਮੋਦੀ
ਅਗਲੇ 3 ਸਾਲਾਂ ਵਿੱਚ ਪੂਰੇ ਦੇਸ਼ ਵਿੱਚ ਲਾਗੂ ਹੋ ਜਾਣਗੇ ਨਵੇਂ ਕਾਨੂੰਨ : ਅਮਿਤ ਸ਼ਾਹ
ਚੰਡੀਗੜ੍ਹ, 3 ਦਸੰਬਰ (ਸ.ਬ.) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਨਵੇਂ ਅਪਰਾਧਿਕ ਕਾਨੂੰਨ ਬਸਤੀਵਾਦੀ ਯੁੱਗ ਦੇ ਕਾਨੂੰਨਾਂ ਦੇ ਅੰਤ ਨੂੰ ਦਰਸਾਉਂਦੇ ਹਨ। ਅੱਜ ਚੰਡੀਗੜ੍ਹ ਵਿੱਚ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ (ਭਾਰਤੀ ਨਿਆ ਸੰਹਿਤਾ, ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਅਤੇ ਭਾਰਤੀ ਸਾਕਸ਼ਯ ਅਧਿਨਿਯਮ) ਦੇ ਸਫਲਤਾਪੂਰਵਕ ਲਾਗੂ ਹੋਣ ਤੇ ਦੇਸ਼ ਨੂੰ ਸਮਰਪਿਤ ਕਰਨ ਮੌਕੇ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਇਹ ਕਾਨੂੰਨ ਸਾਰੇ ਨਾਗਰਿਕਾਂ ਦੇ ਲਾਭ ਲਈ ਸੰਵਿਧਾਨ ਵਿੱਚ ਦਰਜ ਆਦਰਸ਼ਾਂ ਨੂੰ ਸਾਕਾਰ ਕਰਨ ਵੱਲ ਇੱਕ ਠੋਸ ਕਦਮ ਦਰਸਾਉਂਦੇ ਹਨ।
ਉਨ੍ਹਾਂ ਕਿਹਾ ਕਿ ਬਸਤੀਵਾਦੀ ਯੁੱਗ ਦੇ ਕਾਨੂੰਨ ਅੰਗਰੇਜ਼ਾਂ ਵੱਲੋਂ ਭਾਰਤ ਤੇ ਰਾਜ ਕਰਨ ਵੇਲੇ ਕੀਤੇ ਅੱਤਿਆਚਾਰਾਂ ਅਤੇ ਸ਼ੋਸ਼ਣ ਦਾ ਮਾਧਿਅਮ ਸਨ। ਉਨ੍ਹਾਂ ਕਾਨੂੰਨਾਂ ਦਾ ਉਦੇਸ਼ ਭਾਰਤੀਆਂ ਨੂੰ ਸਜ਼ਾ ਦੇਣਾ ਅਤੇ ਉਨ੍ਹਾਂ ਨੂੰ ਗੁਲਾਮ ਬਣਾ ਕੇ ਰੱਖਣਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਵਾਹਨ ਚੋਰੀ ਦੇ ਮਾਮਲਿਆਂ ਵਿੱਚ ਕੇਸ ਦਰਜ ਹੋਣ ਤੋਂ ਬਾਅਦ ਸਿਰਫ 2 ਮਹੀਨੇ, 11 ਦਿਨਾਂ ਵਿੱਚ ਅਦਾਲਤ ਨੇ ਸਜ਼ਾ ਸੁਣਾ ਦਿੱਤੀ। ਇਲਾਕੇ ਵਿੱਚ ਅਸ਼ਾਂਤੀ ਫੈਲਾਉਣ ਦੇ ਇਕ ਹੋਰ ਦੋਸ਼ੀ ਨੂੰ ਅਦਾਲਤ ਵਿੱਚ ਸਿਰਫ 20 ਦਿਨ ਵਿੱਚ ਪੂਰੀ ਸੁਣਵਾਈ ਤੋਂ ਬਾਅਦ ਸਜ਼ਾ ਸੁਣਾਈ ਗਈ। ਦਿੱਲੀ ਵਿੱਚ ਵੀ ਇਕ ਕੇਸ ਵਿੱਚ ਐਫ. ਆਈ. ਆਰ. ਤੋਂ ਲੈ ਕੇ ਫ਼ੈਸਲਾ ਆਉਣ ਤੱਕ ਸਿਰਫ 60 ਦਿਨ ਦਾ ਸਮਾਂ ਲੱਗਿਆ ਅਤੇ ਦੋਸ਼ੀ ਨੂੰ 20 ਸਾਲ ਦੀ ਸਜ਼ਾ ਸੁਣਾਈ ਗਈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜਦੋਂ ਨਾਗਰਿਕਾਂ ਨੂੰ ਸਮਰਪਿਤ ਸਰਕਾਰ ਹੁੰਦੀ ਹੈ ਅਤੇ ਜਦੋਂ ਸਰਕਾਰ ਈਮਾਨਦਾਰੀ ਨਾਲ ਜਨਤਾ ਦੀਆਂ ਤਕਲੀਫ਼ਾਂ ਨੂੰ ਦੂਰ ਕਰਨਾ ਚਾਹੁੰਦੀ ਹੈ ਤਾਂ ਬਦਲਾਅ ਵੀ ਹੁੰਦਾ ਹੈ ਅਤੇ ਨਤੀਜੇ ਵੀ ਆਉਂਦੇ ਹਨ।
ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਅੱਜ ਪੰਜਾਬ ਇੰਜੀਨੀਅਰਿੰਗ ਕਾਲਜ (ਪੀਈਸੀ) ਚੰਡੀਗੜ੍ਹ ਵਿੱਚ ਵਿੱਚ ਹਾਲ ਹੀ ਵਿੱਚ ਲਾਗੂ ਕੀਤੇ ਗਏ 3 ਨਵੇਂ ਅਪਰਾਧਿਕ ਕਾਨੂੰਨਾਂ ਭਾਰਤੀ ਦੰਡ ਵਿਧਾਨ, ਭਾਰਤੀ ਸਿਵਲ ਡਿਫੈਂਸ ਕੋਡ ਅਤੇ ਇੰਡੀਅਨ ਐਵੀਡੈਂਸ ਐਕਟ ਦੀ ਸਮੀਖਿਆ ਕੀਤੀ।
ਇਸ ਮੌਕੇ ਬੋਲਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਤਿੰਨ ਨਵੇਂ ਕਾਨੂੰਨ ਪੂਰੀ ਤਰ੍ਹਾਂ ਲਾਗੂ ਹੋ ਗਏ ਹਨ। ਐਫ ਆਈ ਆਰ ਦਰਜ ਹੋਣ ਦੇ ਤਿੰਨ ਸਾਲਾਂ ਦੇ ਅੰਦਰ ਹਰ ਕਿਸੇ ਨੂੰ ਨਿਆਂ ਮਿਲੇਗਾ ਅਤੇ ਸਾਡੀ ਅਪਰਾਧਿਕ ਨਿਆਂ ਪ੍ਰਣਾਲੀ ਦੁਨੀਆ ਦੀ ਸਭ ਤੋਂ ਆਧੁਨਿਕ ਪ੍ਰਣਾਲੀ ਹੋਵੇਗੀ। ਗ੍ਰਹਿ ਮੰਤਰੀ ਨੇ ਕਿਹਾ ਕਿ ਨਵੇਂ ਕਾਨੂੰਨਾਂ ਨਾਲ ਅਸੀਂ ਅਪਰਾਧਿਕ ਪ੍ਰਣਾਲੀ ਤੋਂ ਛੁਟਕਾਰਾ ਪਾ ਲਿਆ ਹੈ, ਗੁਲਾਮੀ ਦੀ ਨਿਸ਼ਾਨੀ ਹੈ। ਪੁਰਾਣੇ ਕਾਨੂੰਨ 160 ਸਾਲ ਪੁਰਾਣੇ ਸਨ। ਇਹ ਅੰਗਰੇਜ਼ਾਂ ਨੇ ਬਣਾਏ ਸਨ। ਇਹ ਨਾਗਰਿਕਾਂ ਦੀ ਬਜਾਏ ਬ੍ਰਿਟਿਸ਼ ਰਾਜ ਦੀ ਰੱਖਿਆ ਲਈ ਬਣਾਏ ਗਏ ਸਨ। ਭਾਰਤੀਆਂ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਨਵੇਂ ਕਾਨੂੰਨ ਬਣਾਏ ਗਏ ਹਨ। ਇਸ ਨਾਲ ਸਾਰਿਆਂ ਨੂੰ ਇਨਸਾਫ ਮਿਲੇਗਾ। ਇਹ ਕਾਨੂੰਨ 3 ਸਾਲਾਂ ਵਿੱਚ ਪੂਰੇ ਦੇਸ਼ ਵਿੱਚ ਲਾਗੂ ਹੋ ਜਾਣਗੇ। ਇਨ੍ਹਾਂ ਕਾਨੂੰਨਾਂ ਦੀ ਸਭ ਤੋਂ ਵੱਡੀ ਆਤਮਾ ਭਾਰਤੀ ਹਨ ਅਤੇ ਇਨ੍ਹਾਂ ਦਾ ਮਕਸਦ ਭਾਰਤੀਆਂ ਨੂੰ ਇਨਸਾਫ਼ ਦਿਵਾਉਣਾ ਹੈ।
ਇਸ ਤੋਂ ਪਹਿਲਾਂ ਮੋਦੀ ਨੇ ਨਵੇਂ ਕਾਨੂੰਨਾਂ ਦੇ ਤਹਿਤ ਅਪਰਾਧ ਸੀਨ ਜਾਂਚ ਦੀ ਨਕਲ ਕਰਦੇ ਹੋਏ ਲਾਈਵ ਪ੍ਰਦਰਸ਼ਨ ਦੇਖਿਆ। ਇਸ ਮੌਕੇ ਚੰਡੀਗੜ੍ਹ ਪੁਲੀਸ ਵੱਲੋਂ ਇੱਥੇ ਪੰਜਾਬ ਇੰਜਨੀਅਰਿੰਗ ਕਾਲਜ ਵਿੱਚ ਬਣਾਏ ਗਏ ਪ੍ਰਦਰਸ਼ਨੀ ਹਾਲ ਵਿੱਚ ਸਬੂਤ ਇਕੱਠੇ ਕਰਨ ਅਤੇ ਬਿਆਨ ਦਰਜ ਕਰਨ ਦੀ ਪ੍ਰਕਿਰਿਆ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਚੰਡੀਗੜ੍ਹ ਦੀ ਸੀਨੀਅਰ ਪੁਲੀਸ ਕਪਤਾਨ ਕੰਵਰਦੀਪ ਕੌਰ ਨੇ ਵੀ ਪ੍ਰਧਾਨ ਮੰਤਰੀ ਮੋਦੀ ਨੂੰ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਨਾਲ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ, ਯੂਟੀ ਚੰਡੀਗੜ੍ਹ ਦੇ ਸਲਾਹਕਾਰ ਰਾਜੀਵ ਵਰਮਾ ਅਤੇ ਚੰਡੀਗੜ੍ਹ ਪੁਲਿਸ ਦੇ ਡਾਇਰੈਕਟਰ ਜਨਰਲ ਸੁਰਿੰਦਰ ਸਿੰਘ ਯਾਦਵ ਵੀ ਮੌਜੂਦ ਸਨ।
Punjab
ਲੁਧਿਆਣਾ ਵਿੱਚ ਬੁੱਢਾ ਨਾਲਾ ਵੱਲ ਮਾਰਚ ਕਰ ਰਹੇ ਆਗੂਆਂ ਤੇ ਪੁਲੀਸ ਵੱਲੋਂ ਲਾਠੀਚਾਰਜ, ਹਾਲਾਤ ਤਨਾਅਪੂਰਨ
ਪ੍ਰਦਰਸ਼ਨਕਾਰੀਆਂ ਤੇ ਲਾਠੀਚਾਰਜ ਅਤੇ ਪਥਰਾਅ, ਕਈ ਆਗੂ ਪੁਲੀਸ ਹਿਰਾਸਤ ਵਿੱਚ ਲਏ
ਲੁਧਿਆਣਾ, 3 ਦਸੰਬਰ (ਸ.ਬ.) ਲੁਧਿਆਣਾ ਵਿੱਚ ਬੁੱਢਾ ਨਾਲੇ ਵਿੱਚ ਫੈਲੇ ਪ੍ਰਦੂਸ਼ਣ ਦੇ ਵਿਰੋਧ ਵਿੱਚ ਲੁਧਿਆਣਾ ਵੱਲ ਮਾਰਚ ਕਰ ਰਹੇ ਆਗੂਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਸ ਦੌਰਾਨ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਤੇ ਲਾਠੀਚਾਰਜ ਕੀਤਾ। ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਜ਼ਬਰਦਸਤ ਝੜਪ ਹੋ ਗਈ ਅਤੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਪੁਲੀਸ ਨੇ 150 ਤੋਂ ਵੱਧ ਲੋਕਾਂ ਨੂੰ ਹਿਰਾਸਤ ਵਿੱਚ ਲੈ ਚੁੱਕੀ ਹੈ।
ਇਸ ਤੋਂ ਪਹਿਲਾਂ ਪੁਲੀਸ ਨੇ ਲੁਧਿਆਣਾ ਦੇ ਟੀਟੂ ਬਾਣੀਆ, ਫਿਰੋਜ਼ਪੁਰ ਦੇ ਰੋਮੀ ਬਰਾਦ, ਮੋਗਾ ਦੇ ਮਹਿੰਦਰ ਸਿੰਘ ਸਮੇਤ ਅੱਧੀ ਦਰਜਨ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ। ਪੁਲੀਸ ਨੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਉਹਨਾਂ ਦੀ ਕਿਲ੍ਹਾ ਹਰਨਾਮ ਸਿੰਘ ਰਿਹਾਇਸ਼ ਤੇ ਪੁਲੀਸ ਵੱਲੋਂ ਨਜ਼ਰਬੰਦ ਕਰ ਦਿੱਤਾ ਹੈ। ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਅੱਜ ਉਹਨਾਂ ਨੂੰ ਇਸ ਲਈ ਨਜ਼ਰਬੰਦ ਕੀਤਾ ਜਾ ਰਿਹਾ ਕਿ ਕਿਉਂਕਿ ਉਹ ਲੁਧਿਆਣਾ ਵਿਖੇ ਕਾਲੇ ਪਾਣੀਆਂ ਦੇ ਮੋਰਚੇ ਵਿਚ ਸ਼ਾਮਿਲ ਹੋਣ ਲਈ ਜਾ ਰਹੇ ਸੀ। ਪੁਲੀਸ ਨੇ ਮੋਰਚੇ ਦੇ ਸਮਰਥਨ ਵਿੱਚ ਵੇਰਕਾ ਮਿਲਕ ਪਲਾਂਟ ਵਿਖੇ ਆਏ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਹੈ। ਰਾਜੇਵਾਲ ਨੂੰ ਪੁਲੀਸ ਦੀ ਗੱਡੀ ਵਿੱਚ ਬਿਠਾ ਕੇ ਪੁਲੀਸ ਲਾਈਨ ਵਿਖੇ ਭੇਜ ਦਿੱਤਾ ਗਿਆ ਹੈ। ਰਾਜੇਵਾਲ ਨੇ ਕਿਹਾ ਕਿ ਸਰਕਾਰ ਪੁਲੀਸ ਦੇ ਰਾਹੀ ਮੋਰਚੇ ਨੂੰ ਅਸਫਲ ਕਰਨਾ ਚਾਹੁੰਦੀ ਹੈ ਪਰ ਮੋਰਚਾ ਸਫਲ ਹੋ ਗਿਆ ਹੈ। ਪੁਲੀਸ ਵੱਲੋਂ ਕਈ ਔਰਤਾਂ ਤੇ ਹੋਰ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ। ਕਾਲੇ ਪਾਣੀ ਦਾ ਮੋਰਚਾ ਦੇ ਆਗੂ ਅਮਿਤੋਜ ਮਾਨ ਨੇ ਫੇਸਬੁੱਕ ਤੇ ਲਾਈਵ ਹੁੰਦਿਆਂ ਕਿਹਾ ਕਿ ਸਰਕਾਰ ਦੇ ਜਬਰ ਤੇ ਜ਼ੁਲਮ ਦੀ ਅੱਤ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਜਿੰਨਾ ਮੋਰਚੇ ਨੂੰ ਦਬਾਇਆ ਜਾ ਰਿਹਾ ਹੈ ਲੋਕਾਂ ਦੇ ਵਿੱਚ ਉਨਾਂ ਹੀ ਰੋਸ ਵਾਧਦਾ ਜਾ ਰਿਹਾ ਹੈ।
ਮੌਕੇ ਤੇ ਪੁੱਜੇ ਪੁਲੀਸ ਕਮਿਸ਼ਨਰ ਲੁਧਿਆਣਾ ਕੁਲਦੀਪ ਸਿੰਘ ਚਾਹਲ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਅਮਨ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਸ਼ਹਿਰ ਅੰਦਰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲੀਸ ਵੱਲੋਂ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ। ਵੇਰਕਾ ਮਿਲਕ ਪਲਾਂਟ ਦੇ ਸਾਹਮਣੇ ਡੀਸੀਪੀ ਜਸਕਿਰਨਜੀਤ ਸਿੰਘ ਤੇਜਾ, ਏਡੀਸੀਪੀ ਰਮਨਦੀਪ ਸਿੰਘ ਭੁੱਲਰ, ਡੀਸੀਪੀ ਸ਼ੁਭਮ ਅਗਰਵਾਲ, ਗੁਰਦੇਵ ਸਿੰਘ ਏਸੀਪੀ,ਗੁਰਪ੍ਰੀਤ ਸਿੰਘ ਏਸੀਪੀ ਸਮੇਤ ਹੋਰ ਆਹਲਾ ਪੁਲੀਸ ਅਧਿਕਾਰੀਆਂ ਵੱਲੋਂ ਵੇਰਕਾ ਮਿਲਕ ਪਲਾਂਟ ਦੇ ਸਾਹਮਣੇ ਮੋਰਚਾ ਸੰਭਾਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਲੱਖਾ ਸਿਧਾਣਾ ਨੇ ਬੁੱਢਾ ਨਾਲਾ ਬੰਦ ਕਰਵਾਉਣ ਲਈ ਅੰਦੋਲਨ ਕਰਨ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਸੁੱਕੀ ਸਨਅਤ ਨਾਲ ਜੁੜੇ ਲੋਕਾਂ ਨੇ ਵੀ ਵਿਰੋਧ ਕਰਨ ਦੀ ਗੱਲ ਕਹੀ ਸੀ। ਜਿਸ ਤੇ ਅੱਜ ਲੱਖਾ ਸਿਧਾਣਾ ਅਤੇ ਉਸਦੇ ਕਈ ਸਾਥੀ ਬੁੱਢਾ ਨਾਲਾ ਬੰਦ ਕਰਵਾਉਣ ਲਈ ਪਹੁੰਚ ਰਹੇ ਸਨ। ਲੱਖਾ ਸਿਧਾਣਾ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
Mohali
ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਧਾਰਮਿਕ ਸਮਾਗਮ ਅਤੇ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ
ਕੈਂਪ ਦੌਰਾਨ ਉਮੜਿਆ ਖੂਨਦਾਨੀਆਂ ਦਾ ਹਜੂਮ, ਡੇਢ ਹਜਾਰ ਦੇ ਕਰੀਬ ਵਿਅਕਤੀਆਂ ਵੱਲੋਂ ਖੂਨਦਾਨ
ਐਸ ਏ ਐਸ ਨਗਰ, 3 ਦਸੰਬਰ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਜਿਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਧਾਰਮਿਕ ਸਮਾਗਮ ਵਿੱਚ ਭਾਈ ਬਲਬੀਰ ਸਿੰਘ ਪਾਰਸ ਅੰਮ੍ਰਿਤਸਰ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਦੁਆਰਾ ਦੇਸ਼, ਕੌਮ ਅਤੇ ਧਰਮ ਖਾਤਰ ਅੰਗਰੇਜਾਂ ਨਾਲ ਕੀਤੀ ਜੰਗ ਵਿੱਚ ਇਸ ਅਸਥਾਨ ਤੇ ਹਜ਼ਾਰਾਂ ਸਿੰਘਾਂ ਸਮੇਤ ਸ਼ਹੀਦੀ ਪ੍ਰਾਪਤ ਕਰਨ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਾਲਿਆਂ ਦੇ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਤੋਂ ਇਲਾਵਾ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਾਲੇ, ਬਾਬਾ ਬੰਤਾ ਸਿੰਘ ਭਾਈ ਬਿੱਧੀ ਚੰਦ ਸੰਪ੍ਰਦਾਇ, ਮੀਰੀ ਪੀਰੀ ਖਾਲਸਾ ਜੱਥਾ ਜਗਾਧਰੀ ਵਾਲੇ, ਬੀਬੀ ਦਲੇਰ ਕੌਰ ਖਾਲਸਾ ਅਤੇ ਨਕੋਦਰ ਵਾਲੀਆਂ ਬੀਬੀਆਂ ਦਾ ਇੰਟਰਨੈਸ਼ਨਲ ਢਾਡੀ ਜੱਥਾ, ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਅਨੰਦਪੁਰ ਸਾਹਿਬ ਵਾਲੇ, ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣੇ ਵਾਲੇ, ਭਾਈ ਕੁਲਦੀਪ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ, ਭਾਈ ਅਮਰਜੀਤ ਸਿੰਘ ਖਾਲਸਾ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸ੍ਰੀ ਦਰਬਾਰ ਸਾਹਿਬ ਦੀ ਅੰਦਰੋਂ ਵਿਸ਼ੇਸ਼ ਰੂਪ ਨਾਲ ਫੁੱਲਾਂ ਨਾਲ ਸਜਾਵਟ ਕੀਤੀ ਗਈ ਸੀ ਅਤੇ ਸ੍ਰੀ ਦਰਬਾਰ ਸਾਹਿਬ ਨੂੰ ਬਾਹਰੋਂ ਅਤੇ ਗੇਟ ਤੱਕ ਦੇ ਰਸਤੇ ਨੂੰ ਰੰਗ ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਸੀ। ਇਸ ਮੌਕੇ ਹਜਾਰਾਂ ਸੰਗਤਾਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਕਈ ਤਰ੍ਹਾਂ ਦੀਆਂ ਮਿਠਾਈਆਂ, ਪਕਵਾਨਾਂ ਅਤੇ ਗੁਰੂ ਕਾ ਲੰਗਰ ਸੰਗਤਾਂ ਨੂੰ ਸਾਰਾ ਦਿਨ ਅਤੁੱਟ ਵਰਤਾਇਆ ਗਿਆ।
ਪ੍ਰਬੰਧਕਾਂ ਵਲੋਂ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਹਰ ਵਿਭਾਗ ਦੇ ਮਾਹਿਰ ਡਾਕਟਰਾਂ ਦੁਆਰਾ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ। ਇਸ ਦੌਰਾਨ 2 ਦਿਨਾਂ ਅੱਖਾਂ ਦੇ ਚੈੱਕਅੱਪ ਅਤੇ ਫਰੀ ਆਪਰੇਸ਼ਨ ਕੈਂਪ ਵਿੱਚ ਮਾਹਿਰ ਡਾਕਟਰਾਂ ਵਲੋਂ ਵੱਡੀ ਗਿਣਤੀ ਵਿੱਚ ਮਰੀਜਾਂ ਦੀਆਂ ਅੱਖਾਂ ਦਾ ਮੁਆਇਨਾ ਕੀਤਾ ਗਿਆ, ਲੋੜਵੰਦ ਮਰੀਜਾਂ ਦੇ ਅੱਖਾਂ ਦੇ ਆਪਰੇਸ਼ਨ ਪ੍ਰਬੰਧਕ ਕਮੇਟੀ ਵਲੋ ਕਰਵਾਏ ਜਾਣਗੇ।
ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖੀ ਸ ਹਰਜਿੰਦਰ ਸਿੰਘ ਅਤੇ ਸ ਸਤਵਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਬ੍ਰਹਮਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੀ ਯਾਦ ਵਿੱਚ ਸਮੂਹ ਮਾਨਵਤਾ ਦੇ ਭਲੇ ਲਈ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ ਖੂਨਦਾਨ ਕੈਂਪ ਵਿੱਚ ਪੀ ਜੀ ਆਈ, ਜਨਰਲ ਹਸਪਤਾਲ ਸੈਕਟਰ 16, ਸਰਕਾਰੀ ਹਸਪਤਾਲ ਸੈਕਟਰ 32, ਰੋਟਰੀ ਬਲੱਡ ਬੈਂਕ ਸੈਕਟਰ 37, ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਹਸਪਤਾਲ ਸੋਹਾਣਾ, ਸਿਵਲ ਹਸਪਤਾਲ ਮੁਹਾਲੀ, ਸਿਵਲ ਹਸਪਤਾਲ ਖਰੜ, ਮੈਕਸ ਹਸਪਤਾਲ ਮੁਹਾਲੀ ਅਤੇ ਆਈ ਵੀ ਵਾਈ ਹਸਪਤਾਲ ਦੇ ਬਲੱਡ ਬੈਂਕ ਦੀਆਂ ਟੀਮਾਂ ਨੇ ਲੋੜਵੰਦਾਂ ਵਾਸਤੇ ਖੂਨ ਇਕੱਤਰ ਕੀਤਾ। ਇਸ ਦੌਰਾਨ ਖੂਨਦਾਨ ਲਈ ਸ਼ਰਧਾਲੂਆਂ ਦਾ ਹਜੂਮ ਉਮੜਿਆ ਹੋਇਆ ਸੀ ਅਤੇ ਉਹਨਾਂ ਵਿੱਚ ਖੂਨਦਾਨ ਕਰਨ ਲਈ ਬਹੁਤ ਜਿਆਦਾ ਉਤਸ਼ਾਹ ਵੇਖਿਆ ਗਿਆ। ਖਬਰ ਲਿਖੇ ਜਾਣ ਤਕ 1150 ਵਿਅਕਤੀਆਂ ਵਲੋਂ ਖੂਨਦਾਨ ਕੀਤਾ ਜਾ ਚੁੱਕਿਆ ਸੀ ਅਤੇ ਇਹ ਗਿਣਤੀ 1500 ਤੋਂ ਪਾਰ ਹੋਣ ਦੀ ਉਮੀਦ ਸੀ।
ਇਸ ਦੌਰਾਨ ਪ੍ਰਬੰਧਕ ਕਮੇਟੀ ਵੱਲੋਂ ਖੂਨਦਾਨੀਆਂ ਨੂੰ ਹਰ ਵਾਰ ਦੀ ਤਰ੍ਹਾਂ ਦੇਸੀ ਘਿਓ ਦੀ ਪੰਜੀਰੀ, ਸਨਮਾਨ ਚਿੰਨ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ। ਇਸ ਖੂਨਦਾਨ ਕੈਂਪ ਵਿੱਚ ਸੰਤ ਬਾਬਾ ਮਹਿੰਦਰ ਸਿੰਘ ਲੰਬਿਆਂ ਵਾਲੇ, ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲੇ ਅਤੇ ਹੋਰ ਸੰਤ, ਮਹਾਂ ਪੁਰਸ਼ਾਂ ਨੇ ਖੂਨਦਾਨੀਆਂ ਨੂੰ ਆਸ਼ੀਰਵਾਦ ਦਿੱਤਾ। ਇਸ ਦੌਰਾਨ ਕਈ ਉੱਘੇ ਸਿਆਸੀ ਆਗੂ, ਧਾਰਮਿਕ ਸਖਸ਼ੀਅਤਾਂ, ਪਿੰਡ ਅਤੇ ਇਲਾਕੇ ਦੇ ਪਤਵੰਤੇ ਸੱਜਣ ਉਚੇਚੇ ਤੌਰ ਤੇ ਇਸ ਖੂਨਦਾਨ ਕੈਂਪ ਵਿੱਚ ਖੂਨਦਾਨੀਆਂ ਦੀ ਹੌਸਲਾ ਅਫਜਾਈ ਕਰਨ ਲਈ ਪੁੱਜੇ ਹੋਏ ਸਨ। ਭਾਈ ਜਗਮੋਹਣ ਸਿੰਘ ਕਾਹਲੋਂ, ਭਾਈ ਸੁਰਜੀਤ ਸਿੰਘ, ਸ ਪਰਵਿੰਦਰ ਸਿੰਘ ਸੋਹਾਣਾ ਅਤੇ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਖੂਨਦਾਨੀਆਂ, ਡਾਕਟਰਾਂ ਅਤੇ ਆਏ ਪਤਵੰਤੇ ਸੱਜਣਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ।
-
Mohali1 month ago
ਪਿੰਡ ਮੌਲੀ ਵੈਦਵਾਨ ਦੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀ ਤੇ ਪੈਨਸਲਾਂ ਵੰਡੀਆਂ
-
National2 months ago
ਜਨਮ ਦਿਨ ਮੌਕੇ ਸਿਲੰਡਰ ਫਟਣ ਕਾਰਨ ਦਾਦਾ-ਦਾਦੀ ਅਤੇ ਪੋਤੇ ਦੀ ਮੌਤ
-
Mohali1 month ago
ਰਾਜ ਪੱਧਰੀ ਕ੍ਰਿਕਟ ਮੁਕਾਬਲਿਆਂ ਦੌਰਾਨ ਐਸ ਏ ਐਸ ਨਗਰ ਦੀ ਟੀਮ ਵੱਲੋਂ ਜੇਤੂ ਸ਼ੁਰੂਆਤ
-
National2 months ago
ਸੁਪਰੀਮ ਕੋਰਟ ਦੇ ਨਵੇਂ ਚੀਫ ਜਸਟਿਸ ਹੋਣਗੇ ਸੰਜੀਵ ਖੰਨਾ
-
Mohali1 month ago
29 ਅਕਤੂਬਰ ਤੋਂ ਸ਼ੁਰੂ ਹੋਵੇਗਾ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਸੰਬੰਧੀ ਪ੍ਰੋਗਰਾਮ
-
National2 months ago
ਬਾਬਾ ਸਿੱਦੀਕੀ ਕਤਲ ਮਾਮਲੇ ਵਿੱਚ ਮੁੰਬਈ ਪੁਲੀਸ ਵੱਲੋਂ ਤੀਜੇ ਸ਼ੂਟਰ ਦੀ ਭਾਲ ਲਈ ਹੋਰਨਾਂ ਸੂਬਿਆਂ ਵਿਚ ਛਾਪੇਮਾਰੀ
-
Horscope1 month ago
ਇਸ ਹਫਤੇ ਦਾ ਤੁਹਾਡਾ ਰਾਸ਼ੀਫਲ
-
Mohali1 month ago
ਜ਼ਿਲ੍ਹਾ ਜਿਮਨਾਸਟਿਕ ਮੁਕਾਬਲਿਆਂ ਵਿੱਚ ਲਾਰੈਂਸ ਸਕੂਲ ਦੇ ਵਿਦਿਆਰਥੀ ਚਮਕੇ