Connect with us

National

ਦਿੱਲੀ ਕੂਚ ਕਰ ਰਹੇ ਕਿਸਾਨਾਂ ਤੇ ਹੰਝੂ ਗੈਸ ਦੇ ਗੋਲੇ ਸੁੱਟੇ

Published

on

 

 

ਅੱਧੀ ਦਰਜਨ ਕਿਸਾਨ ਜ਼ਖ਼ਮੀ, ਦੋ ਦੀ ਹਾਲਤ ਗੰਭੀਰ, ਕਿਸਾਨਾਂ ਦੇ ਜ਼ਖਮੀ ਹੋਣ ਤੋਂ ਬਾਅਦ ਦਿੱਲੀ ਚੱਲੋ ਮਾਰਚ ਮੁਲਤਵੀ

ਅੰਬਾਲਾ, 6 ਦਸੰਬਰ (ਸ.ਬ.) ਸ਼ੰਭੂ ਬੈਰੀਅਰ ਤੇ ਧਰਨਾ ਦੇ ਰਹੇ ਕਿਸਾਨਾਂ ਵਲੋਂ ਅੱਜ ਦੁਪਹਿਰ ਦਿੱਲੀ ਚੱਲੋ ਮਾਰਚ ਸ਼ੁਰੂ ਕਰਨ ਤੇ ਹਰਿਆਣਾ ਪੁਲੀਸ ਵੱਲੋਂ ਅੱਥਰੂ ਗੈਸ ਦੇ ਗੋਲੇ ਦਾਗਣ ਤੋਂ ਬਾਅਦ ਕਈ ਕਿਸਾਨ ਜ਼ਖ਼ਮੀ ਹੋ ਗਏ ਜਿਨ੍ਹਾਂ ਵਿਚ ਇਕ ਮੁੱਖ ਕਿਸਾਨ ਆਗੂ ਵੀ ਸ਼ਾਮਲ ਹੈ।

ਇਸ ਤੋਂ ਪਹਿਲਾਂ ਸ਼ੰਭੂ ਬਾਰਡਰ ਤੋਂ ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ ਹੋਇਆ ਤੇ ਕਿਸਾਨਾਂ ਨੇ ਬੈਰੀਕੇਡਿੰਗ ਦੀ ਪਹਿਲੀ ਪਰਤ ਵਜੋਂ ਲੱਗੀਆਂ ਤਾਰਾਂ ਪੁੱਟ ਕੇ ਘੱਗਰ ਵਿੱਚ ਸੁੱਟ ਦਿੱਤੀਆਂ। ਪਰ ਉਨ੍ਹਾਂ ਨੂੰ ਹਰਿਆਣਾ ਪੁਲੀਸ ਤੇ ਸੁਰੱਖਿਆ ਬਲਾਂ ਨੇ ਰੋਕ ਲਿਆ। ਇਸ ਮੌਕੇ ਹਰਿਆਣਾ ਪੁਲੀਸ ਨੇ ਕਿਸਾਨਾਂ ਨੂੰ ਅੱਗੇ ਨਾ ਵਧਣ ਲਈ ਕਿਹਾ ਜਿਸ ਤੋਂ ਬਾਅਦ ਹਰਿਆਣਾ ਪੁਲੀਸ ਵੱਲੋਂ ਕਿਸਾਨ ਆਗੂਆਂ ਨਾਲ ਗੱਲਬਾਤ ਕੀਤੀ ਗਈ ਪਰ ਕਿਸਾਨ ਦਿੱਲੀ ਜਾਣ ਲਈ ਅੜੇ ਰਹੇ ਜਿਸਤੇ ਹਰਿਆਣਾ ਪੁਲੀਸ ਨੇ ਕਿਸਾਨਾਂ ਨੂੰ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਦਾਗੇ ਅਤੇ ਕਿਸਾਨਾਂ ਨੂੰ ਅੱਗੇ ਵਧਣ ਨਹੀਂ ਦਿੱਤਾ ਗਿਆ।

ਹਰਿਆਣਾ ਪੁਲੀਸ ਵੱਲੋਂ ਅੱਥਰੂ ਗੈਸ ਦੇ ਗੋਲੇ ਸੁੱਟੇ ਜਾਣ ਕਾਰਨ ਅੱਧੀ ਦਰਜਨ ਕਿਸਾਨ ਜ਼ਖਮੀ ਹੋ ਗਏ ਜਿਨ੍ਹਾਂ ਵਿੱਚੋਂ ਦੋ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜ਼ਖਮੀਆਂ ਵਿੱਚ ਕਿਸਾਨ ਆਗੂ ਸੁਰਜੀਤ ਸਿੰਘ ਫੂਲ ਵੀ ਸ਼ਾਮਲ ਹਨ। ਇਸ ਤੋਂ ਪਹਿਲਾਂ ਇਕ ਕਿਸਾਨ ਪੁਲੀਸ ਵੱਲੋਂ ਬਣਾਏ ਵੱਡੇ ਸ਼ੈਡ ਉਤੇ ਚੜ੍ਹ ਗਿਆ। ਹਰਿਆਣਾ ਪੁਲੀਸ ਵਲੋਂ ਪੰਜਾਬ ਵਾਲੇ ਪਾਸੇ ਕਵਰੇਜ ਕਰ ਰਹੇ ਮੀਡੀਆ ਕਰਮੀਆਂ ਨੂੰ ਵਾਰ ਵਾਰ ਪਿੱਛੇ ਜਾਣ ਲਈ ਕਿਹਾ ਗਿਆ ਅਤੇ ਕਵਰੇਜ ਕਰ ਰਹੇ ਮੀਡੀਆ ਕਰਮੀਆਂ ਤੇ ਵੀ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ।

ਇਸ ਮੌਕੇ ਪੁਲੀਸ ਨੇ ਪੁਖ਼ਤਾ ਇੰਤਜ਼ਾਮ ਕੀਤੇ ਹੋਏ ਸਨ ਤਾਂ ਕਿ ਕਿਸਾਨ ਹਰਿਆਣਾ ਵਿਚ ਦਾਖਲ ਨਾ ਹੋ ਸਕਣ। ਇਸ ਦੌਰਾਨ ਪੁਲੀਸ ਵੱਲੋਂ ਕਿਸਾਨਾਂ ਦੀਆਂ ਅੱਖਾਂ ਵਿਚ ਸਪਰੇਅ ਵੀ ਕੀਤਾ ਗਿਆ ਪਰ ਕਿਸਾਨ ਇਸ ਸਪਰੇਅ ਤੋਂ ਬਚਣ ਲਈ ਅੱਖਾਂ ਵਿਚ ਦਵਾਈ ਪਾ ਰਹੇ ਹਨ। ਜਦੋਂ ਕਿਸਾਨਾਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨੇ ਅੱਥਰੂ ਗੈਸ ਛੱਡੀ ਤਾਂ ਕਿ ਕਿਸਾਨਾਂ ਨੂੰ ਉਥੋਂ ਹਟਾਇਆ ਜਾ ਸਕੇ। ਇਸ ਦੌਰਾਨ ਕਿਸਾਨਾਂ ਨੇ ਕੇਂਦਰ ਦੀ ਭਾਜਪਾ ਤੇ ਹਰਿਆਣਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਕਿਸਾਨਾਂ ਨੇ ਰੋਸ ਪ੍ਰਗਟਾਉਂਦਿਆਂ ਕਿਹਾ ਕਿ ਉਹ ਤਾਂ ਸ਼ਾਂਤੀਪੂਰਵਕ ਅੱਗੇ ਜਾਣਾ ਚਾਹੁੰਦੇ ਹਨ ਪਰ ਕਿਸਾਨਾਂ ਨਾਲ ਪੁਲੀਸ ਧੱਕਾ ਕਰ ਰਹੀ ਹੈ। ਦੂਜੇ ਪਾਸੇ ਹਰਿਆਣਾ ਸਰਕਾਰ ਨੇ ਪੁਲੀਸ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਕਿਸਾਨ ਕਿਸੇ ਵੀ ਸੂਰਤ ਵਿਚ ਅੱਗੇ ਨਹੀਂ ਵਧਣੇ ਚਾਹੀਦੇ। ਇਸ ਤੋਂ ਬਾਅਦ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਅੱਜ ਲਈ ਆਪਣਾ ਪੈਦਲ ਮਾਰਚ ਮੁਲਤਵੀ ਕਰ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੁਝ ਕਿਸਾਨਾਂ ਦੇ ਜ਼ਖ਼ਮੀ ਹੋਣ ਦੇ ਮੱਦੇਨਜ਼ਰ ਉਨ੍ਹਾਂ ਅੱਜ ਲਈ ਆਪਣਾ ਜਥਾ ਵਾਪਸ ਬੁਲਾ ਲਿਆ ਹੈ। ਉਹਨਾਂ ਦਾਅਵਾ ਕੀਤਾ ਕਿ ਹਰਿਆਣਾ ਦੇ ਸੁਰੱਖਿਆ ਮੁਲਾਜ਼ਮਾਂ ਵੱਲੋਂ ਅੱਥਰੂ ਗੈਸ ਦੇ ਗੋਲੇ ਦਾਗੇ ਜਾਣ ਕਾਰਨ ਕਈ ਕਿਸਾਨ ਜ਼ਖ਼ਮੀ ਹੋ ਗਏ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਜ਼ਖਮੀ ਕਿਸਾਨਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨਾਲ ਮੀਟਿੰਗ ਤੋਂ ਬਾਅਦ ਅਗਲੀ ਰਣਨੀਤੀ ਉਲੀਕੀ ਜਾਵੇਗੀ।

ਜ਼ਿਕਰਯੋਗ ਹੈ ਕਿ ਕਿਸਾਨਾਂ ਦੇ ਮਾਰਚ ਨੂੰ ਮੁੱਖ ਰੱਖਦਿਆਂ ਅੰਬਾਲਾ ਜ਼ਿਲ੍ਹੇ ਵਿਚ ਧਾਰਾ 163 ਲਾਗੂ ਹੈ। ਐਂਬੂਲੈਂਸ ਤਾਇਨਾਤ ਕਰ ਦਿੱਤੀਆਂ ਗਈਆਂ ਹਨ, ਹਸਪਤਾਲ ਵਿਚ ਵਾਰਡ ਬਣਾ ਦਿੱਤੇ ਗਏ ਹਨ। ਡਾਕਟਰਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ ਕੁੱਝ ਸਕੂਲ ਵੀ ਬੰਦ ਕਰ ਦਿੱਤੇ ਗਏ ਹਨ। ਪੁਲੀਸ ਵੱਲੋਂ ਵੱਡੀ ਗਿਣਤੀ ਵਿਚ ਪੁਲੀਸ ਵਾਹਨ ਅਤੇ ਰੋਡਵੇਜ਼ ਦੀਆਂ ਬੱਸਾਂ ਬਾਰਡਰ ਤੇ ਖੜ੍ਹੀਆਂ ਕਰ ਦਿੱਤੀਆਂ ਗਈਆਂ ਹਨ।

ਕਿਸਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਲੈਣ ਲਈ ਰੋਸ ਮਾਰਚ ਕਰ ਰਹੇ ਹਨ। ਦੱਸਣਾ ਬਣਦਾ ਹੈ ਕਿ ਕਿਸਾਨਾਂ ਵੱਲੋਂ 10 ਮਹੀਨਿਆਂ ਦੇ ਬਾਅਦ ਹਰਿਆਣਾ ਵਾਲੇ ਪਾਸੇ ਦਾਖ਼ਲ ਹੋਣ ਦੀ ਇਹ ਤੀਜੀ ਕੋਸ਼ਿਸ਼ ਕੀਤੀ ਗਈ ਹੈ। ਕਿਸਾਨਾਂ ਦਾ ਧਰਨਾ 13 ਫਰਵਰੀ ਨੂੰ ਸ਼ੁਰੂ ਹੋਇਆ ਸੀ।

National

ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਸਬੰਧੀ ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ ਮੁੜ ਖਿਚਾਈ

Published

on

By

 

 

ਨਵੀਂ ਦਿੱਲੀ, 2 ਜਨਵਰੀ (ਸ.ਬ.) ਸੁਪਰੀਮ ਕੋਰਟ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਵਿੱਚ ਦਾਖਿਲ ਕਰਵਾਉਣ ਦੇ ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਦੀ ਖਿਚਾਈ ਕਰਦਿਆਂ ਕਿਹਾ ਹੈ ਕਿ ਸਰਕਾਰ ਦੇ ਅਧਿਕਾਰੀ ਅਤੇ ਕੁਝ ਕਿਸਾਨ ਆਗੂ ਮੀਡੀਆ ਵਿੱਚ ਇਹ ਗਲਤ ਪ੍ਰਭਾਵ ਪਾ ਰਹੇ ਹਨ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਤੋੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਮਾਮਲੇ ਦੀ ਸੁਣਵਾਈ ਦੌਰਾਨ ਸਿਖਰਲੀ ਅਦਾਲਤ ਦੇ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉੱਜਲ ਭੂਈਆਂ ਦੇ ਬੈਂਚ ਨੇ ਸਾਫ਼ ਕੀਤਾ ਕਿ ਅਦਾਲਤ ਨੇ ਕਦੇ ਵੀ ਡੱਲੇਵਾਲ ਦਾ ਅੰਦੋਲਨ (ਮਰਨ ਵਰਤ) ਤੋੜਨ ਜਾਂ ਖ਼ਤਮ ਕਰਾਉਣ ਦੀ ਹਦਾਇਤ ਨਹੀਂ ਦਿੱਤੀ। ਬੈਂਚ ਨੇ ਕਿਹਾ ਕਿ ਅਦਾਲਤ ਦੀ ਚਿੰਤਾ ਸਿਰਫ਼ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਹੈ ਅਤੇ ਅਦਾਲਤ ਚਾਹੁੰਦੀ ਹੈ ਕਿ ਉਨ੍ਹਾਂ ਨੂੰ ਤੁਰੰਤ ਡਾਕਟਰੀ ਸਹਾਇਤਾ ਦਿੱਤੀ ਜਾਵੇ।

ਜਸਟਿਸ ਸੂਰਿਆ ਕਾਂਤ ਨੇ ਕਿਹਾ ਕਿ ਅਦਾਲਤ ਜ਼ਿਆਦਾ ਕੁਝ ਨਹੀਂ ਕਹਿਣਾ ਚਾਹੁੰਦੀ ਪਰ ਅਜਿਹਾ ਲੱਗਦਾ ਹੈ ਕਿ ਪੰਜਾਬ ਸਰਕਾਰ ਦੇ ਅਧਿਕਾਰੀ ਅਤੇ ਕੁਝ ਕਿਸਾਨ ਆਗੂ ਜ਼ਮੀਨੀ ਸਥਿਤੀ ਨੂੰ ਹੋਰ ਗੁੰਝਲਦਾਰ ਬਣਾਉਣ ਲਈ ਮੀਡੀਆ ਵਿੱਚ ਗੈਰ-ਜ਼ਿੰਮੇਵਾਰਾਨਾ ਬਿਆਨ ਦੇ ਰਹੇ ਹਨ। ਬੈਂਚ ਨੇ ਕਿਹਾ, ਸਾਨੂੰ ਡੱਲੇਵਾਲ ਪ੍ਰਤੀ ਕੁਝ ਕਿਸਾਨ ਆਗੂਆਂ ਦੀ ਸੱਚੀ ਸੰਜੀਦਗੀ ਦੀ ਘੋਖ ਕਰਨ ਦੀ ਲੋੜ ਹੈ।”

ਇਸ ਮੌਕੇ ਅਦਾਲਤ ਵਿਚ ਪੇਸ਼ ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਸਥਿਤੀ ਨੂੰ ਉਲ਼ਝਾਉਣ ਦੀ ਅਜਿਹੀ ਕਿਸੇ ਵੀ ਕੋਸ਼ਿਸ਼ ਤੋਂ ਇਨਕਾਰ ਕੀਤਾ ਅਤੇ ਕਿਹਾ ਕਿ ਡੱਲੇਵਾਲ ਨੂੰ ਆਪਣਾ ਵਰਤ ਤੋੜੇ ਬਿਨਾਂ ਡਾਕਟਰੀ ਸਹਾਇਤਾ ਲੈਣ ਲਈ ਮਨਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ।

ਬੈਂਚ ਨੇ ਕਿਹਾ ਕਿ ਕਿਉਂਕਿ ਪੰਜਾਬ ਦੇ ਮੁੱਖ ਸਕੱਤਰ ਅਤੇ ਪੁਲੀਸ ਡਾਇਰੈਕਟਰ ਜਨਰਲ ਇਸ ਮਾਮਲੇ ਵਿੱਚ ਵਰਚੁਅਲੀ ਪੇਸ਼ ਹੋ ਰਹੇ ਹਨ, ਇਸ ਲਈ ਉਮੀਦ ਹੈ ਕਿ ਅਦਾਲਤ ਦਾ ਸੁਨੇਹਾ ਸਰਕਾਰ ਤੱਕ ਸਹੀ ਢੰਗ ਨਾਲ ਪੰਹੁਚ ਜਾਵੇਗਾ। ਅਦਾਲਤ ਨੇ ਦੋਵਾਂ ਅਧਿਕਾਰੀਆਂ ਨੂੰ 20 ਦਸੰਬਰ ਦੇ ਆਪਣੇ ਹੁਕਮ ਦੀ ਪਾਲਣਾ ਕਰਨ ਵਾਲਾ ਆਪਣਾ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਜਿਸ ਵਿੱਚ ਅਦਾਲਤ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਨੂੰ ਸਰਕਾਰ ਦੁਆਰਾ ਬਣਾਈਆਂ ਗਈਆਂ ਨੇੜਲੀਆਂ ਮੈਡੀਕਲ ਸਹੂਲਤਾਂ ਵਿੱਚ ਤਬਦੀਲ ਕਰਨ ਦਾ ਹੁਕਮ ਦਿੱਤਾ ਹੈ। ਸੁਪਰੀਮ ਕੋਰਟ ਨੇ ਮਾਮਲੇ ਨੂੰ ਅਗਲੀ ਸੁਣਵਾਈ ਲਈ 6 ਜਨਵਰੀ ਵਾਸਤੇ ਸੂਚੀਬੱਧ ਕੀਤਾ ਹੈ।

ਸਿਖਰਲੀ ਅਦਾਲਤ ਨੇ ਡੱਲੇਵਾਲ ਵੱਲੋਂ ਦਾਇਰ ਇੱਕ ਨਵੀਂ ਪਟੀਸ਼ਨ ਤੇ ਕੇਂਦਰ ਨੂੰ ਨੋਟਿਸ ਵੀ ਜਾਰੀ ਕੀਤਾ ਜਿਸ ਵਿੱਚ ਕੇਂਦਰ ਸਰਕਾਰ ਨੂੰ ਫਸਲਾਂ ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਸਮੇਤ ਵਾਅਦਿਆਂ ਦੀ ਪਾਲਣਾ ਕਰਨ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ, ਜੋ ਕਿ 2021 ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਤੋਂ ਬਾਅਦ ਅੰਦੋਲਨਕਾਰੀ ਕਿਸਾਨਾਂ ਨਾਲ ਕੀਤੇ ਗਏ ਸਨ।

ਜਿਕਰਯੋਗ ਹੈ ਕਿ ਕਿਸਾਨ ਆਗੂ ਡੱਲੇਵਾਲ ਬੀਤੀ 26 ਨਵੰਬਰ ਤੋਂ ਮਰਨ ਵਰਤ ਉਤੇ ਹਨ। ਉਨ੍ਹਾਂ ਦੇ ਮਰਨ ਵਰਤ ਨੂੰ 38 ਦਿਨ ਬੀਤ ਚੁੱਕੇ ਹਨ ਅਤੇ ਇਸ ਕਾਰਨ ਉਨ੍ਹਾਂ ਦੀ ਸਿਹਤ ਵਿਚ ਭਾਰੀ ਨਿਘਾਰ ਆਇਆ ਹੈ। ਇਸੇ ਦੇ ਮੱਦੇਨਜ਼ਰ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਨੂੰ ਫ਼ੌਰੀ ਮੈਡੀਕਲ ਸਹਾਇਤਾ ਮੁਹੱਈਆ ਕਰਾਉਣ ਤੇ ਉਨ੍ਹਾਂ ਦੀ ਜਾਨ ਬਚਾਉਣ ਲਈ ਉਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਾਉਣ ਦੇ ਹੁਕਮ ਦਿੱਤੇ ਸਨ।

Continue Reading

National

ਬੱਸ ਅਤੇ ਟਰਾਲੇ ਦੀ ਟੱਕਰ ਕਾਰਨ 30 ਯਾਤਰੀ ਜ਼ਖਮੀ

Published

on

By

 

ਦੌਸਾ, 2 ਜਨਵਰੀ (ਸ.ਬ.) ਰਾਜਸਥਾਨ ਦੇ ਦੌਸਾ ਵਿੱਚ ਦਿੱਲੀ-ਮੁੰਬਈ ਐਕਸਪ੍ਰੈਸ ਹਾਈਵੇਅ ਤੇ ਅੱਜ ਸਵੇਰੇ ਧੁੰਦ ਕਾਰਨ ਬੱਸ ਅਤੇ ਟਰਾਲੇ ਦੀ ਟੱਕਰ ਹੋਣ ਕਾਰਨ ਕਰੀਬ 30 ਯਾਤਰੀ ਜ਼ਖਮੀ ਹੋ ਗਏ। ਕੁਝ ਗੰਭੀਰ ਜ਼ਖਮੀਆਂ ਨੂੰ ਜੈਪੁਰ ਰੈਫਰ ਕੀਤਾ ਗਿਆ ਹੈ। ਬੱਸ ਮੱਧ ਪ੍ਰਦੇਸ਼ ਦੇ ਉਜੈਨ ਤੋਂ ਦੇਸ਼ ਦੀ ਰਾਜਧਾਨੀ ਦਿੱਲੀ ਵੱਲ ਜਾ ਰਹੀ ਸੀ।

ਇਹ ਹਾਦਸਾ ਸਵੇਰੇ 6 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ ਜਦੋਂ ਦਿੱਲੀ-ਮੁੰਬਈ ਐਕਸਪ੍ਰੈਸ ਹਾਈਵੇਅ ਤੇ ਪਿੰਡ ਲਾਡਲੀ ਕਾ ਬਾਸ ਨੇੜੇ ਨੰਗਲ ਰਾਜਾਵਤਨ ਨੇੜੇ ਪਿੱਲਰ ਨੰਬਰ 198 ਕੋਲ ਇੱਕ ਵੋਲਵੋ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ। ਨੰਗਲ ਰਾਜਾਵਤਨ ਦੇ ਡਿਪਟੀ ਐਸਪੀ ਚਾਰੁਲ ਗੁਪਤਾ ਨੇ ਦੱਸਿਆ ਕਿ ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ। ਉਜੈਨ ਤੋਂ ਆ ਰਹੀ ਵੋਲਵੋ ਬੱਸ ਅੱਗੇ ਜਾ ਰਹੇ ਟਰੱਕ ਨਾਲ ਟਕਰਾ ਗਈ।

ਬੱਸ ਵਿੱਚ ਸਵਾਰ ਜ਼ਖ਼ਮੀ ਬ੍ਰਿਜਮੋਹਨ ਅਤੇ ਉਮਰ ਖ਼ਾਨ ਨੇ ਦੱਸਿਆ ਕਿ ਜਦੋਂ ਹਾਦਸਾ ਵਾਪਰਿਆ ਤਾਂ ਸਾਰੇ ਲੋਕ ਸੁੱਤੇ ਪਏ ਸਨ। ਬ੍ਰਿਜਮੋਹਨ ਨੇ ਦੱਸਿਆ ਕਿ ਉਹ ਉਜੈਨ ਦਾ ਦੌਰਾ ਕਰਕੇ ਵਾਪਸ ਦਿੱਲੀ ਆ ਰਿਹਾ ਸੀ। ਜਦੋਂ ਅਚਾਨਕ ਝਟਕਾ ਲੱਗਾ ਤਾਂ ਪਤਾ ਲੱਗਾ ਕਿ ਬੱਸ ਅੱਗੇ ਜਾ ਰਹੇ ਟਰੱਕ ਨਾਲ ਟਕਰਾ ਗਈ ਸੀ। ਹਾਦਸੇ ਤੋਂ ਬਾਅਦ ਸਵਾਰੀਆਂ ਕਿਸੇ ਤਰ੍ਹਾਂ ਬੱਸ ਦੇ ਪਿਛਲੇ ਦਰਵਾਜ਼ੇ ਤੋਂ ਬਾਹਰ ਆ ਗਈਆਂ। ਜ਼ਖਮੀਆਂ ਨੂੰ ਇਲਾਜ ਲਈ ਦੌਸਾ ਦੇ ਜ਼ਿਲਾ ਹਸਪਤਾਲ ਲਿਆਂਦਾ ਗਿਆ, ਜਿੱਥੋਂ 9 ਗੰਭੀਰ ਜ਼ਖਮੀਆਂ ਨੂੰ ਜੈਪੁਰ ਦੇ ਐਸ.ਐਮ.ਐਸ. ਲਈ ਰੈਫਰ ਕੀਤਾ ਗਿਆ ਸੀ।

 

Continue Reading

National

ਆਰਿਫ਼ ਮੁਹੰਮਦ ਖ਼ਾਨ ਨੇ ਬਿਹਾਰ ਦੇ ਰਾਜਪਾਲ ਵਜੋਂ ਚੁਕੀ ਸਹੁੰ

Published

on

By

 

 

ਪਟਨਾ, 2 ਜਨਵਰੀ (ਸ.ਬ.) ਆਰਿਫ਼ ਮੁਹੰਮਦ ਖ਼ਾਨ ਨੇ ਅੱਜ ਬਿਹਾਰ ਦੇ ਰਾਜਪਾਲ ਵਜੋਂ ਸਹੁੰ ਚੁਕੀ। ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ ਕੇ. ਵਿਨੋਦ ਚੰਦਰਨ ਨੇ ਅੱਜ ਰਾਜ ਭਵਨ ਵਿੱਚ ਆਯੋਜਤ ਇਕ ਸਮਾਰੋਹ ਵਿੱਚ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਸਮਾਗਮ ਵਿਚ ਮੁੱਖ ਮੰਤਰੀ ਨਿਤੀਸ਼ ਕੁਮਾਰ, ਉਪ ਮੁੱਖ ਮੰਤਰੀ ਸਮਰਾਟ ਚੌਧਰੀ, ਰਾਜ ਦੇ ਕਈ ਮੰਤਰੀ ਤੇ ਹੋਰ ਲੋਕ ਸ਼ਾਮਲ ਹੋਏ। ਖ਼ਾਨ ਇਸ ਤੋਂ ਪਹਿਲਾਂ ਕੇਰਲ ਦੇ ਰਾਜਪਾਲ ਰਹਿ ਚੁੱਕੇ ਹਨ।

ਆਰਿਫ਼ ਰਾਜੇਂਦਰ ਵਿਸ਼ਵਨਾਥ ਅਰਲੇਕਰ ਦੀ ਥਾਂ ਲੈਣਗੇ, ਜਿਨ੍ਹਾਂ ਨੂੰ ਹੁਣ ਕੇਰਲ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਸੋਮਵਾਰ ਨੂੰ ਪਟਨਾ ਪਹੁੰਚੇ ਖ਼ਾਨ ਨੇ ਹਵਾਈ ਅੱਡੇ ਤੇ ਪੱਤਰਕਾਰਾਂ ਨੂੰ ਕਿਹਾ ਸੀ ਕਿ ਉਹ ਸੂਬੇ ਦੀ ਗੌਰਵਸ਼ਾਲੀ ਪਰੰਪਰਾ ਮੁਤਾਬਕ ਅਪਣੀ ਡਿਊਟੀ ਨਿਭਾਉਣ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਸੀ ਕਿ ਮੈਂ ਬਿਹਾਰ ਦੇ ਗੌਰਵਮਈ ਇਤਿਹਾਸ ਨੂੰ ਜਾਣਦਾ ਹਾਂ। ਇਸ ਦਾ ਮੇਰੇ ਤੇ ਪ੍ਰਭਾਵ ਹੈ। ਮੈਂ ਸੂਬੇ ਦੀ ਵਿਰਾਸਤ ਅਤੇ ਗੌਰਵਮਈ ਪਰੰਪਰਾ ਅਨੁਸਾਰ ਅਪਣਾ ਫਰਜ਼ ਨਿਭਾਉਣ ਦੀ ਕੋਸ਼ਿਸ਼ ਕਰਾਂਗਾ।

Continue Reading

Latest News

Trending