Chandigarh
ਪੰਜਾਬ ਸਰਕਾਰ ਨੇ 2024 ਵਿੱਚ ਜੇਲ੍ਹ ਸੁਰੱਖਿਆ ਢਾਂਚੇ ਨੂੰ ਮਜ਼ਬੂਤ ਕੀਤਾ : ਲਾਲਜੀਤ ਸਿੰਘ ਭੁੱਲਰ
ਜੇਲ੍ਹ ਪ੍ਰਸ਼ਾਸਨ ਨੂੰ ਮਜ਼ਬੂਤ ਕਰਨ ਲਈ 738 ਵਾਰਡਰ ਅਤੇ 25 ਮੈਟਰਨ ਭਰਤੀ ਕੀਤੇ
ਚੰਡੀਗੜ੍ਹ, 27 ਦਸੰਬਰ (ਸ.ਬ.) ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ 2024 ਵਿੱਚ ਜੇਲ੍ਹ ਸੁਰੱਖਿਆ ਢਾਂਚੇ ਨੂੰ ਮਜ਼ਬੂਤ ਕੀਤਾ ਹੈ ਅਤੇ ਜੇਲ੍ਹ ਪ੍ਰਸ਼ਾਸਨ ਨੂੰ ਮਜ਼ਬੂਤ ਕਰਨ ਲਈ 738 ਵਾਰਡਰ ਅਤੇ 25 ਮੈਟਰਨ ਭਰਤੀ ਕੀਤੇ ਹਨ। ਅੱਜ ਜੇਲ੍ਹ ਵਿਭਾਗ ਵੱਲੋਂ ਸਾਲ 2024 ਦੌਰਾਨ ਸੁਰੱਖਿਆ ਉਪਾਵਾਂ ਨੂੰ ਮਜ਼ਬੂਤ ਕਰਨ ਅਤੇ ਕੈਦੀਆਂ ਦੇ ਮੁੜ-ਵਸੇਬੇ ਲਈ ਕੀਤੀਆਂ ਗਈਆਂ ਪਹਿਲਕਦਮੀਆਂ ਬਾਰੇ ਜਾਣਕਰੀ ਦਿੰਦਿਆਂ ਉਹਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੁਧਿਆਣਾ ਨੇੜੇ 50 ਏਕੜ ਰਕਬੇ ਵਿੱਚ 100 ਕਰੋੜ ਰੁਪਏ ਦੀ ਲਾਗਤ ਨਾਲ ਉੱਚ ਸੁਰੱਖਿਆ ਜੇਲ ਦੀ ਸਥਾਪਨਾ ਕੀਤੀ ਜਾ ਰਹੀ ਹੈ। ਇਸ ਜੇਲ੍ਹ ਦੇ ਮੁਕੰਮਲ ਹੋਣ ਉਪਰੰਤ ਇਥੇ 300 ਖਤਰਨਾਕ ਕੈਦੀਆਂ ਨੂੰ ਰੱਖਿਆ ਜਾਵੇਗਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਤਕਨਾਲੌਜੀ ਦੀ ਵਰਤੋਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਜਿਸ ਤਹਿਤ ਅੱਠ ਕੇਂਦਰੀ ਜੇਲ੍ਹਾਂ ਵਿੱਚ ਏ. ਆਈ. ਆਧਾਰਤ ਸੀ. ਸੀ. ਟੀ. ਵੀ. ਨਿਗਰਾਨੀ ਪ੍ਰਣਾਲੀ ਲਾਗੂ ਕੀਤੀ ਜਾ ਰਹੀ ਹੈ ਤਾਂ ਜੋ ਪਾਬੰਦੀਸ਼ੁਦਾ ਪਦਾਰਥਾਂ ਦੇ ਸੁੱਟੇ ਜਾਣ, ਕੰਧ ਟੱਪਣ ਅਤੇ ਅਣਅਧਿਕਾਰਤ ਮੋਬਾਈਲ ਵਰਤੋਂ ਦਾ ਪਤਾ ਲਗਾਇਆ ਜਾ ਸਕੇ। ਇਸ ਪ੍ਰਣਾਲੀ ਦਾ ਵਿਸਥਾਰ ਛੇ ਹੋਰ ਜੇਲ੍ਹਾਂ ਤੱਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੇਂਦਰੀ ਜੇਲ੍ਹ ਬਠਿੰਡਾ ਵਿੱਚ ਵੀ-ਕਵਚ ਜੈਮਰ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਉਪਰੰਤ 12 ਸੰਵੇਦਨਸ਼ੀਲ ਜੇਲ੍ਹਾਂ ਵਿੱਚ ਇਸ ਨੂੰ ਸਥਾਪਤ ਕੀਤੇ ਜਾਣ ਦੀ ਪ੍ਰਕਿਰਿਆ ਜਾਰੀ ਹੈ। ਬਠਿੰਡਾ ਜੇਲ੍ਹ ਵਿੱਚ ਸੁਰੱਖਿਆ ਲਈ ਇੱਕ ਵਾਧੂ ਸੀ. ਆਰ. ਪੀ. ਐਫ. ਕੰਪਨੀ ਵੀ ਤੈਨਾਤ ਕੀਤੀ ਗਈ ਹੈ।
ਜੇਲ੍ਹ ਮੰਤਰੀ ਨੇ ਦੱਸਿਆ ਕਿ ਅਣਅਧਿਕਾਰਤ ਮੋਬਾਈਲ ਵਰਤੋਂ ਰੋਕਣ ਦੇ ਨਾਲ-ਨਾਲ ਸੰਚਾਰ ਦੀਆਂ ਆਧੁਨਿਕ ਤਕਨੀਕਾਂ ਦੀ ਵਰਤੋਂ ਤਹਿਤ ਜੇਲ੍ਹਾਂ ਵਿੱਚ 750 ਤੋਂ ਵੱਧ ਕਾਲਿੰਗ ਸਿਸਟਮ ਸਥਾਪਤ ਕੀਤੇ ਜਾ ਰਹੇ ਹਨ ਤਾਂ ਜੋ ਕੈਦੀ ਆਪਣੇ ਪਰਿਵਾਰਾਂ ਅਤੇ ਵਕੀਲਾਂ ਨਾਲ ਗੱਲ ਕਰ ਸਕਣ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਸਾਰੀਆਂ 13 ਸੰਵੇਦਨਸ਼ੀਲ ਜੇਲ੍ਹਾਂ ਨੂੰ ਐਕਸ ਰੇ ਬੈਗੇਜ ਸਕੈਨਰਾਂ ਨਾਲ ਲੈਸ ਕਰਨ ਸਣੇ ਉੱਚ ਸੁਰੱਖਿਆ ਵਾਲੇ ਜ਼ੋਨਾਂ, ਜਿੱਥੇ ਖਤਰਨਾਕ ਕੈਦੀ ਰੱਖੇ ਗਏ ਹਨ, ਵਿੱਚ ਸੀ.ਸੀ.ਟੀ.ਵੀ. ਕਵਰੇਜ ਸਥਾਪਤ ਕਰਨਾ ਵੀ ਪ੍ਰਕਿਰਿਆ ਅਧੀਨ ਹੈ।
ਕੈਦੀਆਂ ਦੇ ਮੁੜ-ਵਸੇਬੇ ਬਾਰੇ ਗੱਲ ਕਰਦਿਆਂ ਸ. ਭੁੱਲਰ ਨੇ ਦੱਸਿਆ ਕਿ ‘ਸਿੱਖਿਆ ਦਾਤ ਪ੍ਰਾਜੈਕਟ’ ਤਹਿਤ 2200 ਕੈਦੀ ਵਿਦਿਅਕ ਕੋਰਸ ਕਰ ਰਹੇ ਹਨ ਜਦੋਂ ਕਿ 513 ਕੈਦੀ ਇਸ ਸਾਲ ਦਸੰਬਰ ਵਿੱਚ ਸ਼ੁਰੂ ਹੋਣ ਵਾਲੇ ਇਲੈਕਟ੍ਰੀਕਲ ਵਰਕ, ਪਲੰਬਿੰਗ ਅਤੇ ਟੇਲਰਿੰਗ ਸਮੇਤ ਵੱਖ-ਵੱਖ ਹੁਨਰ ਵਿਕਾਸ ਪ੍ਰੋਗਰਾਮਾਂ ਵਿੱਚ ਰਜਿਸਟਰ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਨਾਭਾ ਅਤੇ ਫਾਜ਼ਿਲਕਾ ਵਿਖੇ ਦੋ ਨਵੇਂ ਪੈਟਰੋਲ ਪੰਪ ਸਥਾਪਿਤ ਕਰਕੇ ਆਪਣੀਆਂ ਵਪਾਰਕ ਪਹਿਲਕਦਮੀਆਂ ਦਾ ਵਿਸਤਾਰ ਵੀ ਕੀਤਾ ਗਿਆ ਹੈ ਅਤੇ ਮੌਜੂਦਾ ਸਮੇਂ ਪੈਟਰੋਲ ਪੰਪਾਂ ਦੀ ਕੁੱਲ ਗਿਣਤੀ ਅੱਠ ਹੋ ਗਈ ਹੈ।
ਸਟਾਫ਼ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਹਾਲ ਹੀ ਵਿੱਚ 738 ਵਾਰਡਰ ਅਤੇ 25 ਮੈਟਰਨ ਭਰਤੀ ਕੀਤੇ ਗਏ ਹਨ ਅਤੇ 179 ਹੋਰ ਸੁਰੱਖਿਆ ਸਟਾਫ਼ ਦੀਆਂ ਆਸਾਮੀਆਂ ਲਈ ਭਰਤੀ ਪ੍ਰਕਿਰਿਆ ਅਧੀਨ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਵੱਖ-ਵੱਖ ਕਾਡਰਾਂ ਦੀਆਂ 1220 ਆਸਾਮੀਆਂ ਨੂੰ ਸੁਰਜੀਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ, ਜਿਸ ਸਬੰਧੀ ਜਲਦ ਹੀ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।
Chandigarh
ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ
ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ
ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।
ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।
Chandigarh
ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।
ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।
Chandigarh
ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼
ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।
ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।
ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।
-
International1 month ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International2 months agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
International4 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International4 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Punjab1 month agoਪੰਜਾਬ ਪੁਲੀਸ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀ ਕਾਬੂ
-
International2 months ago
ਮੇਲਾ ਪੰਜਾਬਣਾਂ ਦਾ 6 ਸਤੰਬਰ ਨੂੰ
-
National1 month agoਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਈ, 3 ਵਿਅਕਤੀਆਂ ਦੀ ਮੌਤ
