Chandigarh
ਪੰਜਵੀਂ ਚੰਡੀਗੜ੍ਹ ਰਾਜ ਗੱਤਕਾ ਚੈਂਪੀਅਨਸ਼ਿੱਪ ਦਾ ਆਯੋਜਨ ਕੀਤਾ
ਚੰਡੀਗੜ੍ਹ, 7 ਜਨਵਰੀ (ਸ.ਬ.) ਚੰਡੀਗੜ੍ਹ ਗੱਤਕਾ ਐਸੋਸੀਏਸ਼ਨ ਵੱਲੋਂ ਸਪੋਰਟਸ ਕੰਪਲੈਕਸ ਸੈਕਟਰ-34 ਸੀ ਚੰਡੀਗੜ੍ਹ ਵਿਖੇ ਮਾਤਾ ਗੁਜ਼ਰ ਕੌਰ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਪੰਜਵੀਂ ਚੰਡੀਗੜ੍ਹ ਰਾਜ ਗੱਤਕਾ ਚੈਂਪੀਅਨਸ਼ਿੱਪ ਦਾ ਆਯੋਜਨ ਕੀਤਾ ਗਿਆ।
ਅੰਡਰ- 14, ਅੰਡਰ -18, ਅੰਡਰ -22, ਅੰਡਰ -26 ਵਰਗ ਦੇ ਲੜਕੇ ਅਤੇ ਲੜਕੀਆਂ ਦੇ ਇਸ ਮੁਕਾਬਲੇ ਵਿੱਚ ਕਰੀਬ 200 ਗੱਤਕਾ ਖਿਡਾਰੀਆਂ ਨੇ ਭਾਗ ਲਿਆ। ਇਸ ਦੌਰਾਨ ਲੜਕੀਆਂ ਲਈ ਵਿਅਕਤੀਗਤ ਸਿੰਗਲ ਸੋਟੀ ਅਤੇ ਵਿਅਕਤੀਗਤ ਸ਼ਸਤਰ ਪ੍ਰਦਰਸ਼ਨ, ਲੜਕਿਆਂ ਦੇ ਵਿਅਕਤੀਗਤ ਫਰੀ ਸੋਟੀ ਅਤੇ ਵਿਅਕਤੀਗਤ ਸ਼ਸਤਰ ਪ੍ਰਦਰਸ਼ਨ ਦੇ ਮੁਕਾਬਲੇ ਕਰਵਾਏ ਗਏ।
ਚੰਡੀਗੜ੍ਹ ਗੱਤਕਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਸ.ਸਿਮਰਨਜੀਤ ਸਿੰਘ ਨੇ ਦੱਸਿਆ ਕਿ ਗੱਤਕੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਗੁਰਬਾਣੀ ਅਤੇ ਗੱਤਕਾ ਦੇ ਮੁਕਾਬਲੇ ਇਕ ਸਾਰ ਕਰਵਾਏ ਗਏ। ਉਹਨਾਂ ਦੱਸਿਆ ਕਿ ਇਹਨਾਂ ਮੁਕਾਬਲਿਆਂ ਦੌਰਾਨ ਗੁਰੂ ਪਾਤਸ਼ਾਹ ਜੀ ਦੇ ਬਖਸ਼ੇ ਬਾਣੀ ਬਾਣੇ ਦੇ ਸੰਕਲਪ ਨੂੰ ਪ੍ਰਚਾਰਿਆ ਗਿਆ ਅਤੇ ਜਪੁਜੀ ਸਾਹਿਬ ਦੀ ਬਾਣੀ ਕੰਠ ਦੇ ਨਾਲ-ਨਾਲ ਗੁਰ ਇਤਿਹਾਸ ਵਿਚੋਂ ਸਵਾਲ ਜਵਾਬ ਦੇਣ ਉਪਰੰਤ ਹੀ ਗੱਤਕਾ ਪ੍ਰਦਰਸ਼ਨ ਦੇ ਨੰਬਰ ਜੋੜ ਕੇ ਨਤੀਜੇ ਐਲਾਨੇ ਗਏ।
ਮੁਕਾਬਲੇ ਦੇ ਸਮਾਪਤੀ ਸਮਾਰੋਹ ਮੌਕੇ ਗੁਰਦੁਆਰਾ ਅਸਥਾਪਨ ਕਮੇਟੀ ਸੈਕਟਰ 22 ਚੰਡੀਗੜ੍ਹ ਦੇ ਜਨਰਲ ਸਕੱਤਰ ਸ. ਗੁਰਜੋਤ ਸਿੰਘ ਸਾਹਨੀ ਅਤੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਸੈਕਟਰ 35 ਬੀ ਚੰਡੀਗੜ੍ਹ ਦੇ ਪ੍ਰਿੰਸੀਪਲ ਪਰਤਿੰਦਰ ਕੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਹਨਾਂ ਤੋਂ ਇਲਾਵਾ ਸਰਦਾਰ ਇੰਦਰਜੋਧ ਸਿੰਘ ਕਨੇਡਾ ਇੰਟਰਨੈਸ਼ਨਲ ਕੋਚ ਵੀ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਸਨ।
ਇਸ ਮੌਕੇ ਮੀਰੀ ਪੀਰੀ ਸੇਵਾ ਸੁਸਾਇਟੀ ਗਰਨਾ ਸਾਹਿਬ ਦੇ ਪ੍ਰਧਾਨ ਸਰਦਾਰ ਮਨਦੀਪ ਸਿੰਘ ਢੀਂਡਸਾ, ਸੁਪਰੀਡੈਂਟ ਖਾਲਸਾ ਕਾਲਜ ਗੜ੍ਹਦੀਵਾਲ ਤੋਂ ਜਸਵਿੰਦਰ ਸਿੰਘ ਮਾਣਕੂ, ਪਰਮਜੀਤ ਸਿੰਘ ਗਰਨਾ ਸਾਹਿਬ, ਰਮਨਪ੍ਰੀਤ ਸਿੰਘ ਟਾਂਡਾ, ਰਾਜਦੀਪ ਸਿੰਘ, ਹਰਦੀਪ ਸਿੰਘ ਨਾਭਾ ਸਾਹਿਬ, ਗੌਰਵ ਬੰਸਲ, ਮੋਕਸ਼ਦਾ ਧੀਮਾਨ, ਵਿਕਾਸ ਪਾਠਕ, ਨਿਤਿਨ ਕੁਮਾਰ, ਸਿਧਾਰਥ ਅਤੇ ਅਮਨ ਦਿਓਲ ਨੇ ਵੀ ਹਾਜਰੀ ਲਗਵਾਈ।
Chandigarh
ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ
ਚੰਡੀਗੜ੍ਹ, 8 ਜਨਵਰੀ (ਸ.ਬ.) ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਅਤੇ ਮਸਲਿਆਂ ਦੇ ਹੱਲ ਲਈ ਗਠਿਤ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਆਧਾਰਿਤ ਕੈਬਨਿਟ ਸਬ-ਕਮੇਟੀ ਨੇ ਅੱਜ ਮੈਰੀਟੋਰੀਅਸ ਟੀਚਰਜ਼ ਯੂਨੀਅਨ, 3704 ਅਧਿਆਪਿਕ ਯੂਨੀਅਨ, ਡੈਮੋਕਰੇਟਿਕ ਟੀਚਰਜ਼ ਫਰੰਟ, ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ, ਖੇਤੀਬਾੜੀ ਵਿਦਿਆਰਥੀ ਐਸੋਸੀਏਸ਼ਨ ਅਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ।
ਮੀਟਿੰਗ ਦੌਰਾਨ ਮੈਰੀਟੋਰੀਅਸ ਟੀਚਰਜ਼ ਯੂਨੀਅਨ ਦੇ ਨੁਮਾਇੰਦਿਆਂ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਸਿਰਜਣਾ ਵਿੱਚ ਮੈਰੀਟੋਰੀਅਸ ਸਕੂਲਾਂ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਅਤੇ ਆਪਣੀਆਂ ਮੰਗਾਂ ਅਤੇ ਮੁੱਦੇ ਪੇਸ਼ ਕੀਤੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਬਨਿਟ ਸਬ-ਕਮੇਟੀ ਵਲੋਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਬਾਰੇ ਇਸ ਮਕਸਦ ਲਈ ਗਠਿਤ ਅਫਸਰ ਕਮੇਟੀ ਰਾਹੀਂ ਵਿਚਾਰ ਕੀਤਾ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਯੂਨੀਅਨ ਦੀਆਂ ਵਿੱਤੀ ਮੰਗਾਂ ਸਬੰਧੀ ਰਿਪੋਰਟ ਤਿਆਰ ਕਰਕੇ ਵਿੱਤ ਵਿਭਾਗ ਨੂੰ ਭੇਜੀ ਜਾਵੇ।
ਡੈਮੋਕ੍ਰੇਟਿਕ ਟੀਚਰਜ਼ ਫਰੰਟ ਨਾਲ ਮੀਟਿੰਗ ਦੌਰਾਨ ਕੈਬਨਿਟ ਸਬ-ਕਮੇਟੀ ਨੇ ਸਿੱਖਿਆ ਵਿਭਾਗ ਨੂੰ ਫਰੰਟ ਵੱਲੋਂ ਉਠਾਏ ਗਏ ਉਨ੍ਹਾਂ ਮੁੱਦਿਆਂ, ਜੋ ਇਸ ਸਮੇਂ ਅਦਾਲਤ ਵਿੱਚ ਹਨ ਜਾਂ ਕਾਨੂੰਨੀ ਅੜਚਣਾਂ ਦਾ ਸਾਹਮਣਾ ਕਰ ਸਕਦੇ ਹਨ, ਬਾਰੇ ਐਡਵੋਕੇਟ ਜਨਰਲ ਦਫਤਰ ਤੋਂ ਕਾਨੂੰਨੀ ਰਾਏ ਲੈਣ ਦੇ ਨਿਰਦੇਸ਼ ਦਿੱਤੇ। ਫਰੰਟ ਵੱਲੋਂ ਉਠਾਏ ਵਿੱਤੀ ਮੁੱਦਿਆਂ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਰੋਸਾ ਦਿੱਤਾ ਕਿ ਵਿੱਤ ਵਿਭਾਗ ਵੱਲੋਂ ਇਨ੍ਹਾਂ ਮਾਮਲਿਆਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾ ਰਿਹਾ ਹੈ। ‘3704 ਅਧਿਆਪਿਕ ਯੂਨੀਅਨ’ ਵੱਲੋਂ ਉਠਾਏ ਮੁੱਦਿਆਂ ਲਈ ਕੈਬਨਿਟ ਸਬ-ਕਮੇਟੀ ਨੇ ਸਿੱਖਿਆ ਵਿਭਾਗ ਨੂੰ ਯੂਨੀਅਨ ਨਾਲ ਮੀਟਿੰਗ ਕਰਕੇ ਰਿਪੋਰਟ ਸੌਂਪਣ ਲਈ ਕਿਹਾ।
ਖੇਤਬਾੜੀ ਵਿਦਿਆਰਥੀ ਐਸੋਸੀਏਸ਼ਨ ਨੇ ਮੰਗ ਕੀਤੀ ਕਿ ਸਕੂਲਾਂ ਵਿੱਚ ਖੇਤੀਬਾੜੀ ਨੂੰ ਲਾਜ਼ਮੀ ਵਿਸ਼ਾ ਬਣਾਇਆ ਜਾਵੇ। ਕੈਬਨਿਟ ਸਬ- ਕਮੇਟੀ ਨੇ ਸਿੱਖਿਆ ਵਿਭਾਗ ਨਾਲ ਗੱਲਬਾਤ ਦੌਰਾਨ ਵਿਭਾਗ ਨੂੰ ਇਹ ਮਾਮਲਾ ਵਿਸ਼ਾ ਮਾਹਿਰ ਕਮੇਟੀ ਕੋਲ ਭੇਜਣ ਲਈ ਕਿਹਾ। ਇਸ ਤੋਂ ਇਲਾਵਾ ਕੈਬਨਿਟ ਸਬ-ਕਮੇਟੀ ਨੇ ਸਿੱਖਿਆ ਵਿਭਾਗ ਨੂੰ ਖੇਤੀਬਾੜੀ ਨੂੰ ਕਿੱਤਾ ਮੁਖੀ ਕੋਰਸਾਂ ਵਿੱਚ ਸ਼ਾਮਲ ਕਰਨ ਬਾਰੇ ਵਿਚਾਰ ਕਰਨ ਦੇ ਨਿਰਦੇਸ਼ ਦਿੱਤੇ ਹਨ।
ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਨੇ ਸੂਬਾ ਸਰਕਾਰ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਮੁੜ ਸ਼ੁਰੂ ਕਰਨ ਦਾ ਮੁੱਦਾ ਉਠਾਇਆ। ਕਮੇਟੀ ਨੇ ਮੋਰਚੇ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗਠਿਤ ਅਧਿਕਾਰੀਆਂ ਦੀ ਕਮੇਟੀ ਇਸ ਸਬੰਧੀ ਢੁੱਕਵਾਂ ਫੈਸਲਾ ਲੈਣ ਲਈ ਲਗਾਤਾਰ ਮੀਟਿੰਗਾਂ ਕਰ ਰਹੀ ਹੈ। ਵਿੱਤ ਵਿਭਾਗ ਦੇ ਅਧਿਕਾਰੀਆਂ ਨੇ ਕੈਬਨਿਟ ਸਬ-ਕਮੇਟੀ ਨੂੰ ਜਾਣੂ ਕਰਵਾਇਆ ਕਿ ਕੇਂਦਰ ਸਰਕਾਰ ਵੱਲੋਂ ਪੇਸ਼ ਨਵੀਂ ਪੈਨਸ਼ਨ ਸਕੀਮ, ‘ਯੂਨੀਫਾਈਡ ਪੈਨਸ਼ਨ ਸਕੀਮ’, ਬਾਰੇ ਵਿਸਤ੍ਰਿਤ ਦਿਸ਼ਾ-ਨਿਰਦੇਸ਼ ਪ੍ਰਾਪਤ ਹੋਣ ਤੋਂ ਬਾਅਦ ਕੋਈ ਵੀ ਅਗਲਾ ਫੈਸਲਾ ਲਿਆ ਜਾਵੇਗਾ।
ਆਂਗਣਵਾੜੀ ਮੁਲਾਜਮ ਯੂਨੀਅਨ ਵੱਲੋਂ ਉਠਾਏ ਗਏ ਗਰੈਚੁਟੀ ਦੇ ਮੁੱਦੇ ਦੇ ਸਬੰਧ ਵਿੱਚ ਕੈਬਨਿਟ ਸਬ-ਕਮੇਟੀ ਨੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਕਾਨੂੰਨੀ ਸਲਾਹ ਲੈਣ ਉਪਰੰਤ ਮਾਮਲਾ ਵਿੱਤ ਵਿਭਾਗ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਹਨ। ਕੇਂਦਰ ਸਰਕਾਰ ਨਾਲ ਸਬੰਧਤ ਮੰਗਾਂ ਲਈ ਕੈਬਨਿਟ ਸਬ-ਕਮੇਟੀ ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਮਸਲਿਆਂ ਦੇ ਹੱਲ ਲਈ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਜਾਵੇ। ਕੁਝ ਆਂਗਣਵਾੜੀ ਕੇਂਦਰਾਂ ਨੂੰ ਪ੍ਰਾਇਮਰੀ ਸਕੂਲਾਂ ਵਿੱਚ ਸ਼ਾਮਲ ਕਰਨ ਕਾਰਨ ਪੈਦਾ ਹੋ ਰਹੀਆਂ ਮੁਸ਼ਕਿਲਾਂ ਸਬੰਧੀ ਕੈਬਨਿਟ ਸਬ- ਕਮੇਟੀ ਨੇ ਵਿਭਾਗਾਂ ਨੂੰ ਸਿੱਖਿਆ ਵਿਭਾਗ ਨਾਲ ਮੀਟਿੰਗ ਕਰਕੇ ਇਨ੍ਹਾਂ ਮੁੱਦਿਆਂ ਦਾ ਹੱਲ ਕਰਨ ਲਈ ਕਿਹਾ ਹੈ।
ਮੀਟਿੰਗ ਵਿੱਚ ਮੈਰੀਟੋਰੀਅਸ ਟੀਚਰਜ਼ ਯੂਨੀਅਨ ਤੋਂ ਡਾ: ਟੀਨਾ, ਡਾ: ਅਜੇ, ਬੂਟਾ ਸਿੰਘ ਅਤੇ ਅਸ਼ਪ੍ਰੀਤ ਕੌਰ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਤੋਂ ਵਿਕਰਮ ਦੇਵ ਸਿੰਘ, ਮਹਿੰਦਰ ਕੌੜਿਆਂਵਾਲੀ, ਗੁਰਪਿਆਰ ਕੋਟਲੀ, ਰਾਜੀਵ ਬਰਨਾਲਾ ਅਤੇ ਸੁਖਦੇਵ ਸਿੰਘ ਡਾਨਸੀਵਾਲ, 3704 ਅਧਿਅਪਕ ਯੂਨੀਅਨ ਤੋਂ ਹਰਜਿੰਦਰ ਸਿੰਘ, ਯਾਦਵਿੰਦਰ ਸਿੰਘ ਅਤੇ ਚਰਨਜੀਤ ਸਿੰਘ, ਖੇਤਬਾੜੀ ਵਿਦਿਆਰਥੀ ਐਸੋਸੀਏਸ਼ਨ ਤੋਂ ਅੰਗਰੇਜ ਸਿੰਘ ਅਤੇ ਅਕਾਸ਼ਦੀਪ, ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਤੋਂ ਗੁਰਜੰਟ ਸਿੰਘ ਕੋਕਰੀ, ਟਹਿਲ ਸਿੰਘ ਸਰਾਭਾ ਅਤੇ ਰਣਦੀਪ ਸਿੰਘ ਅਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਤੋਂ ਊਸ਼ਾ ਰਾਣੀ ਅਤੇ ਗੁਰਮੀਤ ਕੌਰ ਹਾਜਰ ਸਨ।
Chandigarh
ਪੰਜਾਬ ਵਿੱਚ ਸ਼ੀਤ ਲਹਿਰ ਦੀ ਚਿਤਾਵਨੀ
ਮੌਸਮ ਵਿਭਾਗ ਵਲੋਂ ਬਰਸਾਤ ਦੀ ਭਵਿੱਖਬਾਣੀ
ਚੰਡੀਗੜ੍ਹ, 8 ਜਨਵਰੀ (ਸ.ਬ.) ਮੌਸਮ ਵਿਭਾਗ ਨੇ ਅੱਜ 23 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਅਤੇ ਠੰਡ ਦਾ ਆਰੇਂਜ ਅਲਰਟ ਜਾਰੀ ਕੀਤਾ ਹੈ। ਪੰਜਾਬ ਵਿਚ ਮੀਂਹ ਪੈਣ ਦੀ ਸੰਭਾਵਨਾ ਵੀ ਦੱਸੀ ਗਈ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜਦਕਿ ਇਹ ਆਮ ਤਾਪਮਾਨ ਤੋਂ 3.1 ਡਿਗਰੀ ਹੇਠਾਂ ਆ ਗਿਆ ਹੈ।
ਸਾਰੇ ਜ਼ਿਲ੍ਹਿਆਂ ਦਾ ਵੱਧ ਤੋਂ ਵੱਧ ਤਾਪਮਾਨ 13.5 ਤੋਂ 20 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ ਤਾਪਮਾਨ 15.1 ਡਿਗਰੀ ਦਰਜ ਕੀਤਾ ਗਿਆ ਹੈ, ਜੋ ਆਮ ਨਾਲੋਂ ਇਕ ਡਿਗਰੀ ਘੱਟ ਹੈ। 9 ਜਨਵਰੀ ਦੀ ਰਾਤ ਤੋਂ ਮੀਂਹ ਪੈਣ ਦੀ ਸੰਭਾਵਨਾ ਵਿਖਾਈ ਗਈ ਹੈ।
ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਮਾਨਸਾ, ਰੂਪਨਗਰ ਅਤੇ ਮੁਹਾਲੀ ਵਿੱਚ ਸੰਘਣੀ ਧੁੰਦ ਅਤੇ ਠੰਡ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਠੰਡ ਦੇ ਦਿਨਾਂ ਅਤੇ ਸੰਘਣੀ ਧੁੰਦ ਦੀ ਆਰੇਂਜ ਅਲਰਟ ਚਿਤਾਵਨੀ ਹੈ। ਵਿਭਾਗ ਨੇ ਇਸ ਮੌਸਮ ਵਿੱਚ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਇਹ ਵੀ ਸਪੱਸ਼ਟ ਤੌਰ ਤੇ ਕਿਹਾ ਗਿਆ ਹੈ ਕਿ ਜਦੋਂ ਤੱਕ ਕੋਈ ਐਮਰਜੈਂਸੀ ਨਾ ਹੋਵੇ ਘਰਾਂ ਵਿਚੋਂ ਬਾਹਰ ਨਾ ਨਿਕਲੋ ਅਤੇ ਆਪਣਾ ਚਿਹਰਾ ਢੱਕ ਕੇ ਰੱਖੋ।
Chandigarh
ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਸਥਾਨਕ ਛੁੱਟੀ ਐਲਾਨੀ
ਚੰਡੀਗੜ੍ਹ, 8 ਜਨਵਰੀ (ਸ.ਬ.) ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ 14 ਜਨਵਰੀ, 2025 (ਮੰਗਲਵਾਰ) ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।
-
National2 months ago
ਬੱਸ ਪਲਟਣ ਕਾਰਨ 5 ਵਿਅਕਤੀਆਂ ਦੀ ਮੌਤ, 2 ਦਰਜਨ ਵਿਅਕਤੀ ਜ਼ਖ਼ਮੀ
-
International2 months ago
ਗੌਤਮ ਅਡਾਨੀ ਤੇ ਨਿਊਯਾਰਕ ਵਿੱਚ ਧੋਖਾਧੜੀ ਅਤੇ ਰਿਸ਼ਵਤ ਦੇਣ ਦਾ ਲੱਗਾ ਦੋਸ਼
-
Chandigarh2 months ago
ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ 3 ਵਜੇ ਤੱਕ ਹੋਈ 50 ਫੀਸਦੀ ਪੋਲਿੰਗ
-
Mohali2 months ago
ਫੇਜ਼ 4 ਦੇ ਗੁਰੂਦੁਆਾਰਾ ਸਾਹਿਬ ਵਿੱਚ ਚਲ ਰਹੇ ਆਨੰਦਕਾਰਜਾਂ ਦੌਰਾਨ ਲਾੜੀ ਦੀ ਮਾਂ ਦਾ ਬੈਗ ਚੁੱਕ ਕੇ ਭੱਜਦਾ ਬੱਚਾ ਸੇਵਾਦਾਰ ਵੱਲੋਂ ਕਾਬੂ
-
International1 month ago
ਭਾਰਤ ਦੀ ਆਸਟਰੇਲੀਆ ਵਿੱਚ ਆਸਟਰੇਲੀਆ ਤੇ ਸਭ ਤੋਂ ਵੱਡ ਜਿੱਤ
-
National2 months ago
ਬੋਰਵੈਲ ਵਿੱਚ ਡਿੱਗਣ ਕਾਰਨ 4 ਸਾਲਾ ਬੱਚੇ ਦੀ ਮੌਤ
-
Chandigarh2 months ago
ਪੰਜਾਬ ਵਿਧਾਨਸਭਾ ਦੀ ਜਿਮਣੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਤਿੰਨ ਅਤੇ ਕਾਂਗਰਸ ਨੇ ਇੱਕ ਸੀਟ ਜਿੱਤੀ
-
International2 months ago
ਯੂਕੇ ਵਿੱਚ ਭਾਰਤੀ ਵਿਅਕਤੀ ਵੱਲੋਂ ਪਤਨੀ ਦਾ ਕਤਲ