Editorial
ਮਾਰਕੀਟਾਂ ਦੀਆਂ ਪਾਰਕਿੰਗਾਂ ਦੀ ਹਾਲਤ ਵਿੱਚ ਸੁਧਾਰ ਲਈ ਕਦਮ ਚੁੱਕੇ ਪ੍ਰਸ਼ਾਸਨ
ਸਰਕਾਰ ਦੇ ਦਾਅਵਿਆਂ ਵਿੱਚ ਭਾਵੇਂ ਸਾਡੇ ਸ਼ਹਿਰ ਨੂੰ ਇੱਕ ਅੰਤਰਰਾਸ਼ਟਰੀ ਪੱਧਰ ਦੇ ਅਤਿ ਆਧੁਨਿਕ ਸ਼ਹਿਰ ਦਾ ਦਰਜਾ ਹਾਸਿਲ ਹੈ ਜਿੱਥੇ ਵਸਨੀਕਾਂਨੂੰ ਲੋੜੀਂਦੀਆਂ ਬੁਨਿਆਦੀ ਸੁਵਿਧਾਵਾਂ ਹਾਸਿਲ ਹਨ ਪਰੰਤੂ ਸ਼ਹਿਰ ਦੀਆਂ ਲਗਭਗ ਸਾਰੀਆਂ ਹੀ ਮਾਰਕੀਟਾਂ ਵਿਚਲੀਆਂ ਪਾਰਕਿੰਗਾਂ ਦੀ ਬਦਹਾਲੀ ਸਰਕਾਰ ਦੇ ਇਹਨਾਂ ਦਾਅਵਿਆਂ ਦਾ ਮਜਾਕ ਉੜਾਉਂਦੀ ਹੈ। ਸ਼ਹਿਰ ਦੀਆਂ ਜਿਆਦਾਤਰ ਮਾਰਕੀਟਾਂ ਦੀਆਂ ਪਾਰਕਿੰਗਾਂ ਵਿੱਚ ਵਾਹਨ ਖੜ੍ਹੇ ਕਰਨ ਵਾਸਤੇ ਲੋੜੀਂਦੇ ਪ੍ਰਬੰਧਾਂ ਦੀ ਘਾਟ ਕਾਰਨ ਮਾਰਕੀਟਾਂ ਵਿੱਚ ਖਰੀਦਦਾਰੀ ਕਰਨ ਜਾਂ ਕਿਸੇ ਹੋਰ ਕੰਮ ਲਈ ਆਉਣ ਵਾਲੇ ਲੋਕਾਂ ਨੂੰ ਅਕਸਰ ਭਾਰੀ ਪਰੇਸ਼ਾਨੀ ਸਹਿਣੀ ਪੈਂਦੀ ਹੈ।
ਇਸ ਵੇਲੇ ਹਾਲਾਤ ਇਹ ਹਨ ਕਿ ਸ਼ਹਿਰ ਦੀਆਂ ਜਿਆਦਾਤਰ ਮਾਰਕੀਟਾਂ ਦੀਆਂ ਪਾਰਕਿੰਗਾਂ ਮਾੜੀ ਹਾਲਤ ਵਿੱਚ ਹਨ ਅਤੇ ਉਹਨਾਂ ਵਿੱਚ ਖੱਡੇ ਪਏ ਹੋਏ ਹਨ। ਥੋੜ੍ਹੀ ਜਿਹੀ ਬਰਸਾਤ ਹੋਣ ਤੇ ਇਹਨਾਂ ਖੱਡਿਆਂ ਵਿੱਚ ਪਾਣੀ ਖੜ੍ਹਾ ਹੋ ਜਾਂਦਾ ਹੈ ਅਤੇ ਜਦੋਂ ਗੱਡੀਆਂ ਲੰਘਦੀਆਂ ਹਨ ਤਾਂ ਇਸ ਗੰਦੇ ਪਾਣੀ ਦੇ ਛਿੱਟੇ ਉੱਛ ਉੱਛਲ ਕੇ ਆਉਂਦੇ ਜਾਂਦੇ ਲੋਕਾਂ ਤੇ ਪੈਂਦੇ ਰਹਿੰਦੇ ਹਨ। ਇਸਦੇ ਇਲਾਵਾ ਮਾਰਕੀਟਾਂ ਦੀਆਂ ਪਾਰਕਿੰਗਾਂ ਵਿੱਚ ਵਾਹਨਾਂ ਨੂੰ ਖੜ੍ਹਾ ਕਰਨ ਲਈ ਲੋੜੀਂਦੇ ਪ੍ਰਬੰਧ ਨਾ ਹੋਣ ਕਰਨ ਲੋਕ ਮਨਮਰਜੀ ਅਤੇ ਆੜੇ ਤਿਰਛੇ ਢੰਗ ਨਾਲ ਆਪਣੇ ਵਾਹਨ ਖੜ੍ਹੇ ਕਰ ਦਿੰਦੇ ਹਨ ਅਤੇ ਲਗਭਗ ਸਾਰੀਆਂ ਹੀ ਮਾਰਕੀਟਾਂ ਦੀ ਪਾਰਕਿੰਗ ਵਿੱਚ ਵਾਹਨਾਂ ਦਾ ਘੜਮੱਸ ਜਿਹਾ ਪਿਆ ਰਹਿੰਦਾ ਹੈ।
ਮਾਰਕੀਟਾਂ ਦੀਆਂ ਪਾਰਕਿੰਗਾਂ ਵਿੱਚ ਲੋਕਾਂ ਵਲੋਂ ਬੇਤਰਤੀਬ ਢੰਗ ਨਾਲ ਵਾਹਨ ਖੜ੍ਹਾਏ ਜਾਣ ਦੀ ਇਸ ਕਾਰਵਾਈ ਕਾਰਨ ਹੋਰਨਾਂ ਵਾਹਨ ਚਾਲਕਾਂ ਨੂੰ ਪਾਰਕਿੰਗ ਵਿਚ ਆਪਣੇ ਵਾਹਨ ਖੜੇ ਕਰਨ ਵਿਚ ਵੱਡੀ ਸਮੱਸਿਆ ਪੇਸ਼ ਆਉਂਦੀ ਹੈ। ਅਜਿਹਾ ਆਮ ਵੇਖਣ ਵਿੱਚ ਆਉਂਦਾ ਹੈ ਕਿ ਮਾਰਕੀਟਾਂ ਵਿੱਚ ਪਹੁੰਚਣ ਵਾਲੇ ਵਾਹਨ ਚਾਲਕਾਂ ਦਾ ਜਿੱਥੇ ਦਿਲ ਕਰਦਾ ਹੈ ਉਹ ਆਪਣਾ ਵਾਹਨ ਖੜ੍ਹਾ ਕਰ ਦਿੰਦੇ ਹਨ। ਅਜਿਹੇ ਲੋਕਾਂ ਦੀ ਗਿਣਤੀ ਵੀ ਕਾਫੀ ਹੈ ਜਿਹੜੇ ਪਾਰਕਿੰਗ ਵਿੱਚ ਥਾਂ ਨਾ ਮਿਲਣ ਤੇ ਕਿਸੇ ਹੋਰ ਵਾਹਨ ਦੇ ਪਿੱਛੇ ਆਪਣਾ ਵਾਹਨ ਖੜ੍ਹਾ ਕਰਕੇ ਆਪਣੇ ਕੰਮ ਤੇ ਚਲੇ ਜਾਂਦੇ ਹਨ। ਬਾਅਦ ਵਿੱਚ ਜਦੋਂ ਪਹਿਲਾਂ ਤੋਂ ਖੜ੍ਹੇ ਵਾਹਨ ਦਾ ਚਾਲਕ ਵਾਪਸ ਜਾਣ ਲਈ ਆਪਣੀ ਗੱਡੀ ਤਕ ਪਹੁੰਚਦਾ ਹੈ ਤਾਂ ਉਸਨੂੰ ਆਪਣਾ ਵਾਹਨ ਬਾਹਰ ਕੱਢਣ ਲਈ ਥਾਂ ਨਹੀਂ ਮਿਲਦੀ ਅਤੇ ਉਸਨੂੰ ਪਰੇਸ਼ਾਨ ਹੋਣਾ ਪੈਂਦਾ ਹੈ। ਇਸ ਤਰੀਕੇ ਨਾਲ ਕੀਤੀ ਜਾਂਦੀ ਬੇਤਰਤੀਬ ਪਾਰਕਿੰਗ ਕਾਰਨ ਕਈ ਵਾਰ ਵਾਹਨ ਚਾਲਕਾਂ ਵਿਚਾਲੇ ਝਗੜੇ ਦੀ ਨੌਬਤ ਤਕ ਆ ਜਾਂਦੀ ਹੈ।
ਇਸ ਸੰਬੰਧੀ ਜੇਕਰ ਨਗਰ ਨਿਗਮ ਦੀ ਕਾਰਗੁਜਾਰੀ ਦੀ ਗੱਲ ਕੀਤੀ ਜਾਵੇ ਤਾਂ ਨਗਰ ਨਿਗਮ ਵਲੋਂ ਸ਼ਹਿਰ ਦੀਆਂ ਮਾਰਕੀਟਾਂ ਵਿਚਲੀਆਂ ਪਾਰਕਿੰਗਾਂ ਵਿੱਚ ਲੋੜੀਂਦੀਆਂ ਸਹੂਲਤਾਂ ਦੇਣ ਦੇ ਨਾਮ ਤੇ ਸਿਰਫ ਖਾਨਾਪੂਰਤੀ ਕੀਤੀ ਜਾਂਦੀ ਹੈ। ਸ਼ਹਿਰ ਦੀਆਂ ਜਿਆਦਾਤਰ ਮਾਰਕੀਟਾਂ ਦੀਆਂ ਪਾਰਕਿੰਗਾਂ ਵਿੱਚ ਵਾਹਨ ਖੜੇ ਕਰਨ ਲਈ ਲਾਈਨਾਂ ਤਕ ਵੀ ਨਹੀਂ ਲੱਗੀਆਂ ਅਤੇ ਨਾ ਹੀ ਇਹ ਜਾਣਕਾਰੀ ਦੇਣ ਲਈ ਕੋਈ ਬੋਰਡ ਜਾਂ ਨਿਸ਼ਾਨ ਲਗਾਏ ਗਏ ਹਨ ਜਿਸ ਨਾਲ ਇਹ ਪਤਾ ਚਲ ਸਕੇ ਕਿ ਦੋ ਪਹੀਆ ਅਤੇ ਤਿੰਨ ਪਹੀਆ ਵਾਹਨ ਕਿੱਥੇ ਖੜ੍ਹੇ ਕਰਨੇ ਹਨ ਅਤੇ ਚਾਰ ਪਹੀਆ ਵਾਹਨਾਂ ਵਾਸਤੇ ਕਿਹੜੀ ਥਾਂ ਰੱਖੀ ਗਈ ਹੈ। ਵਾਹਨਾਂ ਦੀ ਪਾਰਕਿੰਗ ਵਾਸਤੇ ਲਾਈਨਾਂ ਨਾ ਲੱਗੀਆਂ ਹੋਣ ਅਤੇ ਕੋਈ ਨਿਸ਼ਾਨ ਨਾ ਹੋਣ ਕਾਰਨ ਵੀ ਆਮ ਵਾਹਨ ਚਾਲਕ ਮਨ ਮਰਜੀ ਨਾਲ ਵਾਹਨ ਖੜੇ ਕਰ ਦਿੰਦੇ ਹਨ, ਜਿਸ ਕਾਰਨ ਇਹਨਾਂ ਪਾਰਕਿੰਗਾਂ ਵਿੱਚ ਹਾਲਾਤ ਬੇਹਾਲ ਰਹਿੰਦੇ ਹਨ।
ਇਸਦੇ ਇਲਾਵਾ ਮਾਰਕੀਟਾਂ ਦੀਆਂ ਪਾਰਕਿੰਗਾਂ ਵਿੱਚ ਰੇਹੜੀ ਫੜੀ ਵਾਲਿਆਂ ਵਲੋਂ ਨਾਜਾਇਜ ਕਬਜੇ ਕਰਕੇ ਖਾਣ ਪੀਣ ਦਾ ਸਾਮਾਨ ਵੇਚਣ ਦੀ ਕਾਰਵਾਈ ਵੀ ਪਾਰਕਿੰਗ ਵਿਵਸਥਾ ਵਿੱਚ ਵੱਡੀ ਰੁਕਾਵਟ ਬਣਦੀ ਹੈ। ਇਸ ਸੰਬੰਧੀ ਨਗਰ ਨਿਗਮ ਵਲੋਂ ਨਾਜਾਇਜ ਕਬਜਾ ਕਰਕੇ ਲਗਾਈਆਂ ਜਾਂਦੀਆਂ ਇਹਨਾਂ ਰੇਹੜੀਆਂ ਫੜੀਆਂ ਵਾਲਿਆਂ ਤੇ ਕਾਬੂ ਕਰਨ ਲਈ ਕਾਰਵਾਈ ਵੀ ਕੀਤੀ ਜਾਂਦੀ ਹੈ ਪਰੰਤੂ ਇਹ ਕਾਰਵਾਈ ਵੀ ਕਾਫੀ ਹੱਦ ਤਕ ਅੱਧੀ ਅਧੂਰੀ ਹੀ ਸਾਬਿਤ ਹੁੰਦੀ ਹੈ।
ਸ਼ਹਿਰ ਦੇ ਵਪਾਰੀਆਂ ਦੀ ਨੁਮਾਇੰਦਿਗੀ ਕਰਨ ਵਾਲੇ ਵਪਾਰ ਮੰਡਲ ਵਲੋਂ ਇਸ ਸੰਬੰਧੀ ਸਮੇਂ ਸਮੇਂ ਤੇ ਨਗਰ ਨਿਗਮ ਤੋਂ ਮੰਗ ਕੀਤੀ ਜਾਂਦੀ ਹੈ ਕਿ ਸ਼ਹਿਰ ਦੀਆਂ ਮਾਰਕੀਟਾਂ ਦੀਆਂ ਪਾਰਕਿੰਗਾਂ ਦੀ ਹਾਲਤ ਵਿੱਚ ਲੋੜੀਂਦਾ ਸੁਧਾਰ ਕਰਕੇ ਇਹਨਾਂ ਵਿੱਚ ਲਾਈਨਾਂ ਅਤੇ ਸਿਗਨਲ ਆਦਿ ਲਗਾਏ ਜਾਣ, ਪਰੰਤੂ ਇਸ ਪੱਖੋਂ ਨਗਰ ਨਿਗਮ ਦੀ ਕਾਰਗੁਜਾਰੀ ਸਿਰਫ ਖਾਨਾਪੂਰਤੀ ਕਰਨ ਤਕ ਹੀ ਸੀਮਿਤ ਹੈ। ਇਹੀ ਕਾਰਨ ਹੈ ਕਿ ਮਾਰਕੀਟਾਂ ਦੀਆਂ ਪਾਰਕਿੰਗਾਂ ਵਿੱਚ ਲੋਕ ਆਪਣਾ ਵਾਹਨ ਖੜ੍ਹਾ ਕਰਨ ਅਤੇ ਦੂਜਿਆਂ ਤੋਂ ਪਹਿਲਾਂ ਆਪਣਾ ਵਾਹਨ ਬਾਹਰ ਕੱਢਣ ਲਈ ਆਪਸ ਵਿੱਚ ਬਹਿਸਦੇ ਨਜਰ ਆਉਂਦੇ ਹਨ ਅਤੇ ਇਸ ਕਾਰਨ ਸ਼ਹਿਰ ਦਾ ਮਾਹੌਲ ਵੀ ਖਰਾਬ ਹੁੰਦਾ ਹੈ।
ਨਗਰ ਨਿਗਮ ਨੂੰ ਚਾਹੀਦਾ ਹੈ ਕਿ ਉਹ ਸ਼ਹਿਰ ਦੀਆਂ ਮਾਰਕੀਟਾਂ ਦੀਆਂ ਪਾਰਕਿੰਗਾਂ ਵਿਚ ਵਾਹਨ ਖੜੇ ਕਰਨ ਲਈ ਆ ਰਹੀਆਂ ਦਿਕਤਾਂ ਨੂੰ ਦੂਰ ਕਰਨ ਲਈ ਲੋੜੀਂਦੀ ਕਾਰਵਾਈ ਕਰੇ ਅਤੇ ਇਸ ਵਾਸਤੇ ਇਹਨਾਂ ਪਾਰਕਿੰਗਾਂ ਦੀ ਲੋੜੀਂਦੀ ਮੁਰਮੰਤ ਕਰਕੇ ਉੱਥੇ ਵਾਹਨ ਖੜ੍ਹਾਉਣ ਲਈ ਲਾਈਨਾਂ ਅਤੇ ਹੋਰ ਸਿਗਨਲ ਲਗਾਏ ਜਾਣ ਤਾਂ ਜੋ ਆਮ ਲੋਕਾਂ ਨੂੰ ਇਸ ਸੰਬੰਧੀ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਤੋਂ ਛੁਟਕਾਰਾ ਮਿਲੇ।
Editorial
ਸਰਕਾਰੀ ਕੰਮਕਾਜ ਵਿੱਚ ਹੁੰਦੇ ਭ੍ਰਿਸ਼ਟਾਚਾਰ ਤੇ ਕਾਬੂ ਕਰਨ ਲਈ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰੇ ਸਰਕਾਰ
ਪੰਜਾਬ ਦੀ ਸੱਤਾ ਤੇ ਕਾਬਿਜ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਭਾਵੇਂ ਸੂਬੇ ਦੀ ਜਨਤਾ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦੇ ਲੰਬੇ ਚੌੜੇ ਦਾਅਵੇ ਕੀਤੇ ਜਾ ਰਹੇ ਹਨ ਅਤੇ ਇਸ ਦੌਰਾਨ ਵਿਜੀਲੈਂਸ ਵਲੋਂ ਵੀ ਆਏ ਦਿਨ ਕਿਸੇ ਨਾ ਕਿਸੇ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਨੂੰ ਰੰਗੇ ਹੱਥੀ ਰਿਸ਼ਵਤ ਲੈਂਦਿਆਂ ਕਾਬੂ ਵੀ ਕੀਤਾ ਜਾ ਰਿਹਾ ਹੈ, ਪਰੰਤੂ ਸਰਕਾਰ ਦੀ ਇਹ ਕਾਰਵਾਈ ਭ੍ਰਿਸ਼ਟਾਚਾਰ ਤੇ ਕਾਬੂ ਕਰਨ ਦੀ ਸਮਰਥ ਨਹੀਂ ਹੈ। ਅਸਲੀਅਤ ਇਹੀ ਹੈ ਕਿ ਵੱਡੀ ਗਿਣਤੀ ਸਰਕਾਰੀ ਦਫਤਰਾਂ ਵਿਚ ਹੁਣੇ ਭ੍ਰਿਸਟਾਚਾਰ ਦਾ ਪੂਰਾ ਬੋਲਬਾਲਾ ਹੈ ਅਤੇ ਆਮ ਲੋਕਾਂ ਨੂੰ ਸਰਕਾਰੀ ਦਫਤਰਾਂ ਵਿੱਚ ਆਪਣੇ ਕੰਮ ਕਰਵਾਉਣ ਲਈ ਧੱਕੇ ਖਾਣੇ ਪੈਂਦੇ ਹਨ ਅਤੇ ਸਰਕਾਰੀ ਦਫਤਰਾਂ ਵਿੱਚ ਤੈਨਾਤ ਅਫਸਰਾਂ ਅਤੇ ਕਲਰਕਾਂ ਦੀ ਗੱਲ ਤਾਂ ਇੱਕ ਪਾਸੇ ਸਰਕਾਰੀ ਦਫਤਰਾਂ ਦੇ ਤਾਂ ਚਪੜਾਸੀ ਅਤੇ ਸਫਾਈ ਸੇਵਕ ਤਕ ਆਮ ਲੋਕਾਂ ਦੀ ਅਫਸਰਾਂ ਨਾਲ ਮੁਲਾਕਾਤ ਕਰਵਾਉਣ ਲਈ ਸੇਵਾ ਪਾਣੀ ਮੰਗ ਲੈਂਦੇ ਹਨ। ਸਰਕਾਰੀ ਦਫਤਰਾਂ ਦੇ ਕਲਰਕਾਂ ਤੇ ਬਾਬੂਆਂ ਵਲੋਂ ਅਕਸਰ ਕਿਸੇ ਕੰਮ ਦੀ ਫਾਈਲ ਅੱਗੇ ਤੋਰਨ ਲਈ ਫਾਈਲ ਨੂੰ ਪਹੀਏ ਲਗਾਉਣ ਦੀ ਗੱਲ ਆਖੀ ਜਾਂਦੀ ਹੈ, ਜਿਸਦਾ ਭਾਵ ਸੇਵਾ ਪਾਣੀ ਹੀ ਹੁੰਦਾ ਹੈ।
ਇਹ ਚਰਚਾ ਵੀ ਆਮ ਹੁੰਦੀ ਹੈ ਕਿ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਵਿੱਚ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਕਮਿਸ਼ਨ ਲਿਆ ਜਾਂਦਾ ਹੈ ਅਤੇ ਸਰਕਾਰੀ ਕੰਮ ਕਰਨ ਵਾਲੇ ਠੇਕੇਦਾਰ ਅਕਸਰ ਇਹ ਸ਼ਿਕਵਾ ਵੀ ਕਰਦੇ ਹਨ ਕਿ ਜਦੋਂ ਤਕ ਉਹ ਸੰਬੰਧਿਤ ਕਲਰਕ ਜਾਂ ਅਧਿਕਾਰੀ ਨੂੰ ਉਸਦੀ ਕਮਿਸ਼ਨ ਵਲੋਂ ਮੰਗੀ ਜਾਂਦੀ ਰਕਮ ਦੀ ਪੇਸ਼ਗੀ ਅਦਾਇਗੀ ਨਹੀਂ ਕਰਦੇ ਉਹਨਾਂ ਦੇ ਬਿਲ ਪਾਸ ਨਹੀਂ ਕੀਤੇ ਜਾਂਦੇ। ਇਹ ਗੱਲ ਆਮ ਆਖੀ ਜਾਂਦੀ ਹੈ ਕਿ ਸਰਕਾਰੀ ਕੰਮ ਕਰਨ ਵਾਲੇ ਠੇਕੇਦਾਰ ਵੱਖ ਵੱਖ ਵਰਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਮਿਸ਼ਨ ਦੇ ਰੂਪ ਵਿੱਚ ਠੇਕੇ ਦੀ ਕੁਲ ਰਕਮ ਦਾ 15 ਤੋਂ 20 ਫੀਸਦੀ ਤਕ ਅਦਾ ਕਰਦੇ ਹਨ ਅਤੇ ਕਮਿਸ਼ਨ ਦੀ ਇਸ ਰਕਮ ਦੇ ਉੱਪਰ ਤਕ ਵੰਡੇ ਜਾਣ ਦੀ ਚਰਚਾ ਵੀ ਆਮ ਹੁੰਦੀ ਹੈ। ਇਹ ਵੀ ਇੱਕ ਕਾਰਨ ਹੈ ਕਿ ਇਹਨਾਂ ਠੇਕੇਦਾਰਾਂ ਵਲੋਂ ਕਰਵਾਏ ਜਾਣ ਵਾਲੇ ਕੰਮਾਂ ਦੌਰਾਨ ਹਲਕੇ ਪੱਧਰ ਦਾ ਮਟੀਰੀਅਲ ਵਰਤਿਆ ਜਾਂਦਾ ਹੈ। ਆਖਿਰ ਠੇਕੇਦਾਰ ਵੀ ਕੀ ਕਰਨ, ਉਹਨਾਂ ਨੇ ਵੀ ਤਾਂ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦਿੱਤੇ ਜਾਣ ਵਾਲੇ ਕਮਿਸ਼ਨ ਦੀ ਰਕਮ ਨੂੰ ਵੀ ਵਿਚੋਂ ਹੀ ਪੂਰਾ ਕਰਨਾ ਹੁੰਦਾ ਹੈ ਅਤੇ ਉਸਦੀ ਭਰਪਾਈ ਲਈ ਉਹ ਜਾਂ ਤਾਂ ਘੱਟ ਮਟੀਰੀਅਲ ਨਾਲ ਕੰਮ ਸਾਰਦੇ ਹਨ ਜਾਂ ਫਿਰ ਘਟੀਆ ਮਟੀਰੀਅਲ ਵਰਤ ਕੇ ਕੰਮ ਪੂਰਾ ਕਰ ਦਿੰਦੇ ਹਨ।
ਲੋਕ ਅਕਸਰ ਇਹ ਸ਼ਿਕਾਇਤ ਕਰਦੇ ਹਨ ਕਿ ਅਧਿਕਾਰੀ ਕਿਸੇ ਦੀ ਗੱਲ ਨਹੀਂ ਸੁਣਦੇ ਅਤੇ ਉਹਨਾਂ ਦਾ ਆਮ ਲੋਕਾਂ ਪ੍ਰਤੀ ਰਵਈਆ ਕਾਫੀ ਰੁੱਖਾ ਹੁੰਦਾ ਹੈ। ਲੋਕਾਂ ਦਾ ਕਹਿਣਾ ਹੈ ਕਿ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਮਰਜੀ ਨਾਲ ਹੀ ਕੰਮ ਕਰਦੇ ਹਨ ਅਤੇ ਸਰਕਾਰ ਦਾ ਅਫਸਰਸ਼ਾਹੀ ਉਪਰ ਕੋਈ ਕਾਬੂ ਨਹੀਂ ਹੈ। ਲੋਕ ਆਮ ਇਲਜਾਮ ਲਗਾਉਂਦੇ ਹਨ ਕਿ ਵੱਡੀ ਗਿਣਤੀ ਅਫਸਰ ਅਤੇ ਮੁਲਾਜਮ ਤਾਂ ਸਮੇਂ ਤੇ ਦਫਤਰ ਤਕ ਨਹੀਂ ਆਂਉਂਦੇ ਅਤੇ ਜੇ ਆਉਂਦੇ ਵੀ ਹਨ ਤਾਂ ਵੀ ਕਈ ਵਾਰ ਆਪਣੀ ਹਾਜਰੀ ਲਗਾ ਕੇ ਚਲੇ ਜਾਂਦੇ ਹਨ।
ਸੂਬੇ ਦੇ ਜਮੀਨੀ ਹਾਲਾਤ ਇਹੀ ਹਨ ਕਿ ਪੰਜਾਬ ਦੇ ਲਗਭਗ ਸਾਰੇ ਸਰਕਾਰੀ ਦਫਤਰ ਭ੍ਰਿਸ਼ਟਾਚਾਰ ਦੀ ਮਾਰ ਹੇਠ ਹਨ ਜਿਸ ਉਪਰ ਕਾਬੂ ਪਾਉਣ ਵਿਚ ਪੰਜਾਬ ਦੀ ਮੌਜੂਦਾ ਸਰਕਾਰ ਨਾਕਾਮ ਸਾਬਿਤ ਹੋ ਰਹੀ ਹੈ। ਇਸ ਸਾਰੇ ਕੁੱਝ ਤੇ ਕਾਬੂ ਕਰਨ ਲਈ ਜਰੂਰੀ ਹੈ ਕਿ ਸਰਕਾਰ ਵਲੋਂ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ ਅਤੇ ਉਹਨਾਂ ਕੋਲ ਪਹੁੰਚਣ ਵਾਲੇ ਹਰ ਛੋਟੇ ਵੱਡੇ ਕੰਮ ਨੂੰ ਸਮਾਬੱਧ ਤਰੀਕੇ ਨਾਲ ਪੂਰਾ ਕਰਨ ਲਈ ਪਾਬੰਦ ਕੀਤਾ ਜਾਵੇ। ਇਸਦੇ ਨਾਲ ਨਾਲ ਸਰਕਾਰ ਵਲੋਂ ਇਸ ਗੱਲ ਦੇ ਵੀ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ ਕਿ ਆਪਣੇ ਕੋਲ ਪਹੁੰਚਣ ਵਾਲੀਆਂ ਫਾਈਲਾਂ ਨੂੰ ਬਿਨਾ ਵਜ੍ਹਾ ਰੋਕ ਕੇ ਰੱਖਣ ਅਤੇ ਸਰਕਾਰੀ ਕੰਮਾਂ ਨੂੰ ਲਮਕਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਖਿਲਾਫ ਸਖਤ ਕਾਰਵਾਈ ਹੋਵੇ।
ਸਰਕਾਰੀ ਕੰਮਕਾਜ ਦੌਰਾਨ ਹੋਣ ਵਾਲੇ ਭ੍ਰਿਸ਼ਟਾਚਾਰ ਤੇ ਕਾਬੂ ਕਰਨ ਲਈ ਜਰੂਰੀ ਹੈ ਕਿ ਸਰਕਾਰ ਵਲੋਂ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ ਅਤੇ ਮਿੱਥੇ ਸਮੇਂ ਵਿੱਚ ਆਪਣਾਂ ਕੰਮ ਮੁਕੰਮਲ ਨਾ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ। ਸਰਕਾਰੀ ਕੰਮਕਾਜ ਦੀ ਜਵਾਬਦੇਹੀ ਤੈਅ ਕਰਕੇ ਅਤੇ ਕੰਮ ਨੂੰ ਲਮਕਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿੱਚ ਸਖਤ ਕਾਰਵਾਈ ਦਾ ਡਰ ਪੈਦਾ ਕਰਕੇ ਸਰਕਾਰੀ ਕੰਮਾਂ ਵਿੱਚ ਹੋਣ ਵਾਲੇ ਭ੍ਰਿਸ਼ਟਾਚਾਰ ਨੂੰ ਕਾਫੀ ਹੱਦ ਤਕ ਕਾਬੂ ਕੀਤਾ ਜਾ ਸਕਦਾ ਹੈ ਅਤੇ ਸਰਕਾਰ ਵਲੋਂ ਇਸ ਸੰਬੰਧੀ ਲੋੜੀਂਦੇ ਕਦਮ ਚੁੱਕੇ ਜਾਣੇ ਚਾਹੀਦੇ ਹਨ।
Editorial
ਲੋਕਤੰਤਰ ਦੀ ਮਰਿਆਦਾ ਦੇ ਖਿਲਾਫ ਹਨ ਸਿਆਸੀ ਨੇਤਾਵਾਂ ਦੇ ਵਿਗੜਦੇ ਬੋਲ
ਸਾਡੇ ਦੇਸ਼ ਵਿੱਚ ਸਿਆਸੀ ਨੇਤਾ ਆਪਣੇ ਭਾਸ਼ਣ ਦੌਰਾਨ ਜਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਸਰ ਅਜਿਹੀਆਂ ਗੱਲਾਂ ਕਹਿ ਦਿੰਦੇ ਹਨ, ਜੋ ਵਿਵਾਦ ਬਣ ਜਾਂਦੀਆਂ ਹਨ। ਬਾਅਦ ਵਿੱਚ ਇਹ ਨੇਤਾ ਆਪਣੀਆਂ ਗੱਲਾਂ ਲਈ ਮਾਫੀ ਵੀ ਮੰਗ ਲੈਂਦੇ ਹਨ। ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਰਮੇਸ਼ ਬਿਧੂੜੀ ਵੱਲੋਂ ਸਾਂਸਦ ਪ੍ਰਿਯੰਕਾ ਗਾਂਧੀ ਬਾਰੇ ਕੀਤੀ ਗਈ ਟਿੱਪਣੀ ਦਾ ਮਾਮਲਾ ਇਸ ਵੇਲੇ ਚਰਚਾ ਵਿੱਚ ਹੈ। ਇਸ ਤੋਂ ਇਲਾਵਾ ਇਸ ਭਾਜਪਾ ਆਗੂ ਵੱਲੋਂ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਅਤੇ ਉਹਨਾਂ ਦੇ ਪਿਤਾ ਜੀ ਬਾਰੇ ਵੀ ਗਲਤ ਬਿਆਨੀ ਕੀਤੀ ਗਈ ਹੈ, ਜਿਸ ਕਾਰਨ ਮੀਡੀਆ ਨਾਲ ਗੱਲਬਾਤ ਦੌਰਾਨ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਰੋਣ ਲੱਗ ਪਈ ਸੀ। ਭਾਜਪਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਬਿਧੂੜੀ ਨੂੰ ਕਾਲਕਾਜੀ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਮੁੱਖ ਮੰਤਰੀ ਆਤਿਸ਼ੀ ਅਤੇ ਕਾਂਗਰਸੀ ਉਮੀਦਵਾਰ ਅਲਕਾ ਲਾਂਬਾ ਦੇ ਖ਼ਿਲਾਫ਼ ਮੈਦਾਨ ਵਿੱਚ ਉਤਾਰਿਆ ਹੈ।
ਅਜਿਹਾ ਪਹਿਲੀ ਵਾਰ ਨਹੀਂ ਹੋਇਆ ਹੈ ਕਿ ਬਿਧੂੜੀ ਨੇ ਕੁਬੋਲ ਬੋਲੇ ਹੋਣ। ਜਦੋਂ ਉਹ ਸਾਂਸਦ ਸਨ ਤਾਂ ਉਸ ਨੇ ਇੱਕ ਵਾਰ ਸੰਸਦ ਵਿੱਚ ਘੱਟ ਗਿਣਤੀ ਭਾਈਚਾਰੇ ਦੇ ਸੰਸਦ ਮੈਂਬਰ ਦਾਨਿਸ਼ ਅਲੀ (ਉਸ ਸਮੇਂ ਬਹੁਜਨ ਸਮਾਜ ਪਾਰਟੀ) ਦਾ ਅਪਮਾਨ ਕੀਤਾ ਸੀ। ਦਾਨਿਸ਼ ਅਲੀ ਬਾਰੇ ਬਿਧੂੜੀ ਦੇ ਬਿਆਨ ਤੇ ਭਾਜਪਾ ਨੇ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਸੀ ਪਰ ਹੁਣ ਦਿੱਲੀ ਚੋਣਾਂ ਦੌਰਾਨ ਉਸ ਨੂੰ ‘ਆਪ’ ਦੇ ਪ੍ਰਮੁੱਖ ਨੇਤਾ ਵਿਰੁੱਧ ਚੋਣ ਟਿਕਟ ਦੇ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਅਜਿਹੇ ਲੋਕ ਭਾਜਪਾ ਦੇ ਵਿਸ਼ਵਾਸਪਾਤਰ ਹਨ ਅਤੇ ਉਹ ਪਾਰਟੀ ਨੂੰ ਜਿੱਤ ਦਿਵਾਉਣ ਦੇ ਸਮਰੱਥ ਵੀ ਹਨ।
ਇਸ ਤੋਂ ਪਹਿਲਾਂ ਵੀ ਅਨੇਕਾਂ ਸਿਆਸੀ ਆਗੂ ਗਲਤ ਗੱਲਾਂ ਕਹਿੰਦੇ ਆਏ ਹਨ। ਇੱਥੋਂ ਤਕ ਕਿ ਜਦੋਂ ਸz. ਮਨਮੋਹਨ ਸਿੰਘ ਭਾਰਤ ਦੇ ਪ੍ਰਧਾਨ ਮੰਤਰੀ ਸਨ ਤਾਂ ਭਾਜਪਾ ਆਗੂ ਅਕਸਰ ਹੀ ਮੀਡੀਆ ਸਾਹਮਣੇ ਉਹਨਾਂ ਬਾਰੇ ਇਤਰਾਜਯੋਗ ਸ਼ਬਦਾਵਲੀ ਵਰਤਦੇ ਰਹਿੰਦੇ ਸਨ। ਇਹ ਗੱਲ ਹੋਰ ਹੈ ਕਿ ਸz. ਮਨਮੋਹਨ ਸਿੰਘ ਨੇ ਉਹਨਾਂ ਨੂੰ ਕਦੇ ਵੀ ਮੋੜਵਾਂ ਜਵਾਬ ਨਹੀਂ ਦਿੱਤਾ ਅਤੇ ਉਹਨਾਂ ਦੀ ਚੁੱਪੀ ਹੀ ਵਿਰੋਧੀਆਂ ਨੂੰ ਚਿੱਤ ਕਰ ਦਿੰਦੀ ਸੀ।
ਪ੍ਰਧਾਨ ਮੰਤਰੀ ਦਾ ਅਹੁਦਾ ਇੱਕ ਬਹੁਤ ਹੀ ਮਰਿਆਦਾ ਵਾਲਾ ਅਹੁਦਾ ਹੁੰਦਾ ਹੈ, ਪਰ ਉਸ ਸਮੇਂ ਭਾਜਪਾ ਦੇ ਕੁਝ ਆਗੂਆਂ ਵੱਲੋਂ ਇਸ ਅਹੁਦੇ ਦੀ ਮਰਿਆਦਾ ਦਾ ਵੀ ਖਿਆਲ ਨਹੀਂ ਸੀ ਰਖਿਆ ਜਾਂਦਾ ਅਤੇ ਗਲੀ ਮੁਹੱਲੇ ਦੇ ਆਪੇ ਬਣੇ ਨੇਤਾ ਵੀ ਅਕਸਰ ਉਸ ਸਮੇਂ ਦੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਬਾਰੇ ਇਤਰਾਜਯੋਗ ਸ਼ਬਦਾਵਲੀ ਵਰਤ ਜਾਂਦੇ ਸਨ। ਕਿਹਾ ਜਾਂਦਾ ਹੈ ਕਿ ਅਨੇਕਾਂ ਲੋਕਾਂ ਨੂੰ ਇੱਕ ਸਿੱਖ ਆਗੂ ਦਾ ਭਾਰਤ ਦਾ ਪ੍ਰਧਾਨ ਮੰਤਰੀ ਬਣਨਾ ਚੰਗਾ ਨਹੀਂ ਸੀ ਲੱਗਿਆ।
ਕੁਝ ਸਾਲ ਪਹਿਲਾਂ ਲਾਲੂ ਪ੍ਰਸਾਦ ਯਾਦਵ ਨੇ ਵੀ ਬਿਹਾਰ ਦੀਆਂ ਸੜਕਾਂ ਨੂੰ ਅਦਾਕਾਰਾ ਤੇ ਭਾਜਪਾ ਸਾਂਸਦ ਹੇਮਾ ਮਾਲਿਨੀ ਦੀਆਂ ਗੱਲ੍ਹਾਂ ਵਰਗੀਆਂ ਮੁਲਾਇਮ ਬਣਾਉਣ ਦਾ ਬਿਆਨ ਦਿੱਤਾ ਸੀ। ਉਸ ਸਮੇਂ ਵੀ ਲਾਲੂ ਯਾਦਵ ਦੀ ਕਾਫੀ ਨਿਖੇਧੀ ਕੀਤੀ ਗਈ ਸੀ, ਜਿਸ ਤਰ੍ਹਾਂ ਹੁਣ ਭਾਜਪਾ ਆਗੂ ਬਿਧੂੜੀ ਦੀ ਹੋ ਰਹੀ ਹੈ। ਇਸ ਦੇ ਬਾਵਜੂਦ ਸਿਆਸੀ ਨੇਤਾ ਕੋਈ ਸਬਕ ਨਹੀਂ ਸਿੱਖ ਰਹੇ। ਨਾ ਹੀ ਸਿਆਸੀ ਪਾਰਟੀਆਂ ਅਜਿਹੇ ਨੇਤਾਵਾਂ ਖ਼ਿਲਾਫ਼ ਕੋਈ ਕਾਰਵਾਈ ਕਰਦੀਆਂ ਹਨ। ਅਸਲ ਵਿੱਚ ਅਜਿਹੇ ਨੇਤਾ ਹੀ ਸਿਆਸੀ ਪਾਰਟੀਆਂ ਨੂੰ ਚੰਗੇ ਲੱਗਦੇ ਹਨ, ਕਿਉਂਕਿ ਅਜਿਹੇ ਨੇਤਾ ਬੇਤੁੱਕੇ ਬਿਆਨ ਦੇ ਕੇ ਮੀਡੀਆ ਵਿੱਚ ਛਾਏ ਤਾਂ ਰਹਿੰਦੇ ਹਨ।
ਮੰਦੇ ਸ਼ਬਦ ਬੋਲਣ ਵਾਲੇ ਸਿਆਸੀ ਨੇਤਾਵਾਂ ਦੀ ਗਿਣਤੀ ਬਹੁਤ ਹੈ। ਅਜਿਹੇ ਆਗੂ ਪਤਾ ਨਹੀਂ ਕੀ ਸੋਚ ਕੇ ਅਜਿਹੇ ਸ਼ਬਦ ਬੋਲਦੇ ਰਹਿੰਦੇ ਹਨ। ਇਹ ਸੜਕਛਾਪ ਨੇਤਾ ਅਜਿਹੇ ਸਬਦ ਬੋਲ ਕੇ ਨਾ ਤਾਂ ਆਪਣਾ ਕੁੱਝ ਸੁਆਰ ਸਕਦੇ ਹਨ ਨਾ ਹੀ ਆਪਣੀ ਪਾਰਟੀ ਦਾ ਭਲਾ ਕਰ ਸਕਦੇ ਹਨ, ਬਲਕਿ ਆਪਣੀ ਪਾਰਟੀ ਦੀਆਂ ਵੋਟਾਂ ਵੀ ਖਰਾਬ ਕਰ ਦਿੰਦੇ ਹਨ ਕਿਉਂਕਿ ਔਰਤਾਂ ਅਤੇ ਹੋਰਨਾਂ ਆਗੂਆਂ ਬਾਰੇ ਚੰਗੀ ਸੋਚ ਰੱਖਣ ਵਾਲੇ ਲੋਕ ਅਜਿਹੇ ਨੇਤਾਵਾਂ ਨੂੰ ਵੋਟ ਪਾਉਣ ਦੀ ਥਾਂ ਵੋਟਾਂ ਵਾਲੇ ਦਿਨ ਘਰ ਤੋਂ ਹੀ ਨਹੀਂ ਨਿਕਲਦੇ।
ਸਿਆਸੀ ਨੇਤਾਵਾਂ ਦੇ ਵਿਗੜਦੇ ਬੋਲ ਲੋਕਤੰਤਰ ਦੀ ਮਰਿਆਦਾ ਦੇ ਖਿਲਾਫ ਹਨ ਅਤੇ ਭਾਰਤ ਦੇ ਚੋਣ ਕਮਿਸ਼ਨ ਨੂੰ ਚਾਹੀਦਾ ਹੈ ਕਿ ਉਹ ਮੰਦੜੇ ਸ਼ਬਦ ਬੋਲਣ ਵਾਲੇ ਸਿਆਸੀ ਨੇਤਾਵਾਂ ਦੇ ਚੋਣ ਲੜਨ ਤੇ ਹੀ ਰੋਕ ਲਗਾ ਦੇਵੇ ਤਾਂ ਕਿ ਸਿਆਸੀ ਨੇਤਾ ਸੋਚ ਸਮਝ ਕੇ ਲਿਆ ਕਰਨ।
ਬਿਊਰੋ
Editorial
ਬਹੁਤ ਖਤਰਨਾਕ ਸਾਬਤ ਹੋ ਰਹੀ ਹੈ ਚਾਈਨਾ ਡੋਰ
ਅੱਜਕੱਲ ਵੱਖ ਵੱਖ ਇਲਾਕਿਆਂ ਵਿੱਚ ਬੱਚਿਆਂ ਅਤੇ ਨੌਜਵਾਨਾਂ ਵੱਲੋਂ ਪਤੰਗਾਂ ਉੜਾਈਆਂ ਜਾ ਰਹੀਆਂ ਹਨ ਅਤੇ ਮੀਡੀਆ ਰਿਪੋਰਟਾਂ ਅਨੁਸਾਰ ਪਤੰਗ ਉਡਾਉਣ ਲਈ ਆਮ ਡੋਰ ਦੀ ਥਾਂ ਚਾਈਨਾ ਡੋਰ ਦੀ ਵਰਤੋਂ ਕੀਤੀ ਜਾਂਦੀ ਹੈ ਜਿਹੜੀ ਆਮ ਡੋਰ ਤੋਂ ਕਾਫੀ ਜਿਆਦਾ ਮਜਬੂਤ ਹੋਣ ਕਾਰਨ ਨੌਜਵਾਨ ਜਾਂ ਬੱਚੇ ਚਾਈਨਾ ਡੋਰ ਦੀ ਵਰਤੋਂ ਕਰਦੇ ਹਨ। ਇਹ ਡੋਰ ਅਕਸਰ ਆਮ ਇਨਸਾਨਾਂ ਅਤੇ ਜਾਨਵਰਾਂ ਲਈ ਬਹੁਤ ਨੁਕਸਾਨਦੇਹ ਸਾਬਿਤ ਹੁੰਦੀ ਹੈ ਅਤੇ ਇਸ ਚਾਈਨਾ ਡੋਰ ਦੀ ਲਪੇਟ ਵਿੱਚ ਆਉਣ ਕਾਰਨ ਅਨੇਕਾਂ ਵਿਅਕਤੀ ਜਖਮੀ ਵੀ ਚੁੱਕੇ ਹਨ।
ਪੰਜਾਬ ਸਰਕਾਰ ਵਲੋਂ ਭਾਵੇਂ ਸੂਬੇ ਵਿੱਚ ਚਾਈਨਾ ਡੋਰ ਦੀ ਵਿਕਰੀ ਤੇ ਪਾਬੰਦੀ ਲਗਾਈ ਹੋਈ ਹੈ ਪਰੰਤੂ ਇਸ ਦੇ ਬਾਵਜੂਦ ਕੁਝ ਦੁਕਾਨਦਾਰਾਂ ਵੱਲੋਂ ਚੋਰੀ ਛਿਪੇ ਇਹ ਡੋਰ ਵੇਚੀ ਜਾਂਦੀ ਹੈ ਅਤੇ ਇਸ ਸੰਬੰਧੀ ਮੀਡੀਆ ਵਿੱਚ ਖਬਰਾਂ ਵੀ ਆਉਂਦੀਆਂ ਹਨ। ਬੀਤੇ ਦਿਨ ਪੁਲੀਸ ਵਲੋਂ ਪਟਿਆਲਾ ਦੇ ਇੱਕ ਦੁਕਾਨਦਾਰ ਦੇ ਘਰ ਛਾਪਾ ਮਾਰ ਕੇ ਭਾਰੀ ਮਾਤਰਾ ਵਿੱਚ ਚਾਈਨਾ ਡੋਰ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਪੰਜਾਬ ਦੇ ਹੋਰਨਾਂ ਇਲਾਕਿਆਂ ਵਿੱਚ ਵੀ ਦੁਕਾਨਦਾਰਾਂ ਤੋਂ ਚਾਈਨਾ ਡੋਰ ਬਰਾਮਦ ਕੀਤੀ ਜਾ ਰਹੀ ਹੈ।
ਕੁੱਝ ਲੋਕ ਹੈਰਾਨੀ ਜਾਹਿਰ ਕਰਦੇ ਹਨ ਕਿ ਜਦੋਂ ਪੰਜਾਬ ਵਿੱਚ ਚਾਈਨਾ ਡੋਰ ਦੀ ਵਿਕਰੀ ਤੇ ਪਾਬੰਦੀ ਹੈ ਤਾਂ ਇਹ ਡੋਰ ਵਿਕ ਕਿਵੇਂ ਰਹੀ ਹੈ। ਇਸਦਾ ਕਾਰਨ ਇਹ ਹੈ ਕਿ ਕੁਝ ਦੁਕਾਨਦਾਰ ਲਾਲਚ ਵਿੱਚ ਇਹ ਚਾਈਨਾ ਡੋਰ ਵੇਚਦੇ ਹਨ, ਜਿਹੜੇ ਹੋਰਨਾਂ ਸੂਬਿਆਂ ਤੋਂ ਚੋਰੀ ਛਿੱਪੇ ਚਾਈਨਾ ਡੋਰ ਲਿਆਉਂਦੇ ਜਾਂ ਮੰਗਵਾਉਂਦੇ ਹਨ ਅਤੇ ਫਿਰ ਇਸਨੂੰ ਚੋਰੀ ਛਿਪੇ ਹੀ ਵੇਚਿਆ ਜਾਂਦਾ ਹੈ। ਇਹਨਾਂ ਦੁਕਾਨਦਾਰਾਂ ਦੇ ਪੱਕੇ ਗਾਹਕ ਹੁੰਦੇ ਹਨ, ਜੋ ਕਿ ਦੁਕਾਨਦਾਰਾਂ ਦੇ ਘਰਾਂ ਜਾਂ ਗੁਪਤ ਟਿਕਾਣਿਆਂ ਤੋਂ ਜਾਣੂੰ ਹੁੰਦੇ ਹਨ ਅਤੇ ਇਹ ਪੱਕੇ ਗਾਹਕ ਹੀ ਹੋਰ ਗਾਹਕਾਂ ਨੂੰ ਇਹਨਾਂ ਦੁਕਾਨਦਾਰਾਂ ਕੋਲ ਲੈ ਕੇ ਆਉਂਦੇ ਹਨ। ਇਸ ਤਰ੍ਹਾਂ ਚਾਈਨਾ ਡੋਰ ਦਾ ਵੇਚਣ ਦਾ ਧੰਦਾ ਚੋਰੀ ਛਿਪੇ ਚਲਦਾ ਰਹਿੰਦਾ ਹੈ।
ਇਸ ਸੰਬੰਧੀ ਮਾਹਿਰ ਕਹਿੰਦੇ ਹਨ ਕਿ ਚਾਈਨਾ ਡੋਰ ਬਹੁਤ ਖਤਰਨਾਕ ਹੁੰਦੀ ਹੈ ਅਤੇ ਜਾਨਵਰ ਹੋਵੇ ਜਾਂ ਇਨਸਾਨ, ਜੋ ਵੀ ਇਸਦੀ ਲਪੇਟ ਵਿੱਚ ਆਉਂਦਾ ਹੈ, ਉਹ ਬੁਰੀ ਤਰ੍ਹਾਂ ਜਖਮੀ ਹੋ ਜਾਂਦਾ ਹੈ ਅਤੇ ਇਸਦੀ ਲਪੇਟ ਵਿੱਚ ਆਉਣ ਵਾਲੇ ਵਿਅਕਤੀ ਦੀ ਮੌਤ ਵੀ ਹੋ ਸਕਦੀ ਹੈ। ਇਸ ਦੇ ਬਾਵਜੂਦ ਅਨੇਕਾਂ ਨੌਜਵਾਨ ਚਾਈਨਾ ਡੋਰ ਨਾਲ ਹੀ ਪਤੰਗ ਉਡਾਉਣ ਨੂੰੂ ਪਹਿਲ ਦਿੰਦੇ ਹਨ। ਜਿਆਦਾਤਰ ਨੌਜਵਾਨ ਅਤੇ ਬੱਚੇ ਦੂਜਿਆਂ ਦੇ ਪਤੰਗ ਕੱਟਣ ਲਈ ਅਕਸਰ ਚਾਈਨਾ ਡੋਰ ਨਾਲ ਪਤੰਗ ਉਡਾਉਂਦੇ ਹਨ। ਇਸ ਸੰਬੰਧੀ ਅਕਸਰ ਮੀਡੀਆ ਵਿੱਚ ਛਪਦੇ ਆਰਟੀਕਲਾਂ ਅਤੇ ਖਬਰਾਂ ਰਾਹੀਂ ਲੋਕਾਂ ਨੂੰ ਚਾਈਨਾ ਡੋਰ ਸਬੰਧੀ ਸੁਚੇਤ ਵੀ ਕੀਤਾ ਜਾਂਦਾ ਹੈ ਪਰ ਇਸ ਦਾ ਅਸਰ ਘੱਟ ਹੀ ਹੁੰਦਾ ਹੈ।
ਇਸ ਚਾਈਨਾ ਡੋਰ ਨਾਲ ਇਨਸਾਨਾਂ ਦੇ ਨਾਲ ਅਕਸਰ ਹੀ ਪੰਛੀ ਅਤੇ ਜਾਨਵਰ ਵੀ ਜਖ਼ਮੀ ਹੋ ਜਾਂਦੇ ਹਨ। ਕਈ ਵਾਰ ਤਾਂ ਚਾਈਨਾ ਡੋਰ ਦੀ ਲਪੇਟ ਵਿੱਚ ਆਏ ਪੰਛੀਆਂ ਦੀ ਮੌਤ ਵੀ ਹੋ ਜਾਂਦੀ ਹੈ। ਇਸ ਦੇ ਬਾਵਜੂਦ ਨੌਜਵਾਨਾਂ ਤੇ ਬੱਚਿਆਂ ਵਿੱਚ ਚਾਈਨਾ ਡੋਰ ਦੀ ਵਰਤੋਂ ਕਰਨ ਦਾ ਰੁਝਾਨ ਚਿੰਤਾ ਦਾ ਵਿਸ਼ਾ ਹੈ।
ਇਹ ਠੀਕ ਹੈ ਕਿ ਅੱਜ ਦੇ ਮੁਕਾਬਲੇ ਦੇ ਯੁੱਗ ਵਿੱਚ ਹਰ ਦੁਕਾਨਦਾਰ ਨੂੰ ਆਪਣਾ ਵਪਾਰ ਚਲਾਉਣ ਲਈ ਸਖ਼ਤ ਮਿਹਨਤ ਕਰਨੀ ਪੈਂਦੀ ਹੈ ਪਰ ਲਾਲਚ ਅਤੇ ਵਾਧੂ ਕਮਾਈ ਲਈ ਅਜਿਹੇ ਸਮਾਨ ਨੂੰ ਨਹੀਂ ਵੇਚਣਾ ਚਾਹੀਦਾ ਜੋ ਕਿ ਦੂਜਿਆਂ ਦੀ ਜ਼ਿੰਦਗੀ ਲਈ ਸਮੱਸਿਆ ਬਣੇ। ਇਸ ਵੇਲੇ ਤਾਂ ਹਾਲਾਤ ਇਹ ਹੋ ਗਏ ਹਨ ਕਿ ਕਰਿਆਨਾ ਅਤੇ ਹੋਰ ਸਮਾਨ ਵੇਚਣ ਵਾਲੇ ਦੁਕਾਨਦਾਰ ਵੀ ਚੋਰੀ ਛਿਪੇ ਚਾਈਨਾ ਡੋਰ ਦੀ ਵਿਕਰੀ ਕਰਦੇ ਰਹਿੰਦੇ ਹਨ।
ਪਤੰਗ ਅਤੇ ਡੋਰ ਵੇਚਣ ਵਾਲੇ ਦੁਕਾਨਦਾਰਾਂ ਨੂੰ ਚਾਹੀਦਾ ਹੈ ਕਿ ਉਹ ਕੁਝ ਪੈਸਿਆਂ ਦੇ ਲਾਲਚ ਲਈ ਚਾਈਨਾ ਡੋੋਰ ਦੀ ਵਿਕਰੀ ਨਾ ਕਰਨ। ਇਸ ਤੋਂ ਇਲਾਵਾ ਪ੍ਰਸ਼ਾਸ਼ਨ ਵਲੋਂ ਚਾਈਨਾ ਡੋਰ ਵੇਚਣ ਵਾਲੇ ਦੁਕਾਨਦਾਰਾਂ ਦੇ ਨਾਲ ਨਾਲ ਚਾਈਨਾ ਡੋਰ ਖਰੀਦਣ ਵਾਲਿਆਂ ਖ਼ਿਲਾਫ਼ ਵੀ ਕਾਰਵਾਈ ਕਰਨੀ ਚਾਹੀਦੀ ਹੈ। ਸਰਕਾਰ ਅਤੇ ਪੁਲੀਸ ਨੂੰ ਉਹਨਾਂ ਚੋਰ ਮੋਰੀਆਂ ਦਾ ਪਤਾ ਲਗਾਉਣਾ ਚਾਹੀਦਾ ਹੈ, ਜਿਹਨਾਂ ਰਾਹੀਂ ਦੂਜੇ ਸੂਬਿਆਂ ਤੋਂ ਪੰਜਾਬ ਵਿੱਚ ਚਾਈਨਾ ਡੋਰ ਆ ਰਹੀ ਹੈ ਅਤੇ ਮਾਪਿਆਂ ਨੂੰ ਵੀ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਚਾਈਨਾ ਡੋਰ ਪ੍ਰਤੀ ਸੁਚੇਤ ਕਰਨ।
ਬਿਊਰੋ
-
National2 months ago
ਬੱਸ ਪਲਟਣ ਕਾਰਨ 5 ਵਿਅਕਤੀਆਂ ਦੀ ਮੌਤ, 2 ਦਰਜਨ ਵਿਅਕਤੀ ਜ਼ਖ਼ਮੀ
-
International2 months ago
ਗੌਤਮ ਅਡਾਨੀ ਤੇ ਨਿਊਯਾਰਕ ਵਿੱਚ ਧੋਖਾਧੜੀ ਅਤੇ ਰਿਸ਼ਵਤ ਦੇਣ ਦਾ ਲੱਗਾ ਦੋਸ਼
-
Mohali2 months ago
ਫੇਜ਼ 4 ਦੇ ਗੁਰੂਦੁਆਾਰਾ ਸਾਹਿਬ ਵਿੱਚ ਚਲ ਰਹੇ ਆਨੰਦਕਾਰਜਾਂ ਦੌਰਾਨ ਲਾੜੀ ਦੀ ਮਾਂ ਦਾ ਬੈਗ ਚੁੱਕ ਕੇ ਭੱਜਦਾ ਬੱਚਾ ਸੇਵਾਦਾਰ ਵੱਲੋਂ ਕਾਬੂ
-
International2 months ago
ਭਾਰਤ ਦੀ ਆਸਟਰੇਲੀਆ ਵਿੱਚ ਆਸਟਰੇਲੀਆ ਤੇ ਸਭ ਤੋਂ ਵੱਡ ਜਿੱਤ
-
National2 months ago
ਬੋਰਵੈਲ ਵਿੱਚ ਡਿੱਗਣ ਕਾਰਨ 4 ਸਾਲਾ ਬੱਚੇ ਦੀ ਮੌਤ
-
International2 months ago
ਯੂਕੇ ਵਿੱਚ ਭਾਰਤੀ ਵਿਅਕਤੀ ਵੱਲੋਂ ਪਤਨੀ ਦਾ ਕਤਲ
-
Chandigarh2 months ago
ਪੰਜਾਬ ਵਿਧਾਨਸਭਾ ਦੀ ਜਿਮਣੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਤਿੰਨ ਅਤੇ ਕਾਂਗਰਸ ਨੇ ਇੱਕ ਸੀਟ ਜਿੱਤੀ
-
Chandigarh2 months ago
ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਭਲਕੇ ਹੋਣ ਵਾਲੀ ਗਿਣਤੀ ਦੀਆਂ ਤਿਆਰੀਆਂ ਮੁਕੰਮਲ : ਸਿਬਿਨ ਸੀ