Punjab
ਸ਼ਹੀਦ ਸੂਬੇਦਾਰ ਦਾ ਸੈਨਿਕ ਰਸਮਾਂ ਨਾਲ ਕੀਤਾ ਗਿਆ ਸਸਕਾਰ
ਬੰਨਾਵਾਲਾ, 16 ਜਨਵਰੀ (ਸ.ਬ.) ਪਿੰਡ ਬੰਨਾਵਾਲਾ ਦੇ ਰਹਿਣ ਵਾਲੇ ਅਤੇ ਭਾਰਤੀ ਫੌਜ ਵਿਚ ਡਿਊਟੀ ਨਿਭਾ ਰਹੇ ਸੂਬੇਦਾਰ ਬਲਜਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਿਸ ਦੀ ਮ੍ਰਿਤਕ ਦੇਹ ਨੂੰ ਆਰਮੀ ਵਲੋਂ ਉਨ੍ਹਾਂ ਦੇ ਪਿੰਡ ਲਿਆਦਾ ਗਿਆ ਹੈ। ਅੱਜ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਸੈਨਿਕ ਰਸਮਾਂ ਨਾਲ ਉਹਨਾਂ ਦੇ ਪਿੰਡ ਬੰਨਾਵਾਲਾ ਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ।
ਬਲਜਿੰਦਰ ਸਿੰਘ ਉਮਰ ਲਗਭਗ 45 ਸਾਲ 1811 ਲਾਈਟ ਰੈਜੀਮੈਂਟ ਵਿਚ ਬਤੌਰ ਸੂਬੇਦਾਰ ਆਪਣੀਆਂ ਸੇਵਾਵਾਂ ਹੈਦਰਾਬਾਦ ਵਿਖੇ ਨਿਭਾ ਰਹੇ ਸਨ। ਜੋ ਕੁਝ ਦਿਨ ਪਹਿਲਾ ਪੇਂਟ ਦੀ ਇੰਨਫੈਕਸ਼ਨ ਕਾਰਨ ਮਿਲਟਰੀ ਹਸਪਤਾਲ ਸਿਕੰਦਰਾਬਾਦ ਵਿਖੇ ਭਰਤੀ ਸਨ। ਜਿਥੇ 14 ਜਨਵਰੀ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਬਲਜਿੰਦਰ ਸਿੰਘ ਦੀ ਸੇਵਾ ਮੁਕਤੀ ਵਿਚ ਅੱਠ ਮਹੀਨਿਆਂ ਦਾ ਸਮਾਂ ਬਾਕੀ ਰਹਿ ਗਿਆ ਸੀ।
ਉਨ੍ਹਾਂ ਨੂੰ ਸੈਨਾ ਵਲੋਂ 26 ਜਨਵਰੀ ਨੂੰ ਪਦ ਉਨਤ ਕਰਕੇ ਆਨਰੇਰੀ ਲੈਫਟੀਨੈਂਟ ਅਤੇ 15 ਅਗਸਤ ਨੂੰ ਆਨਰੇਰੀ ਕੈਂਪਟਨ ਬਣਾਇਆ ਜਾਣਾ ਸੀ। ਉਹ ਆਪਣੇ ਪਿੱਛੇ ਆਪਣੇ ਬਜ਼ੁਰਗ ਮਾਤਾ – ਪਿਤਾ, ਪਤਨੀ, ਇਕ ਲੜਕਾ ਅਤੇ ਲੜਕੀ ਨੂੰ ਛੱਡ ਗਏ ਹਨ।
Mohali
ਨਿਗਮ ਵਲੋਂ ਕਰਵਾਏ ਜਾਂਦੇ ਕੰਮਾਂ ਦੀ ਕੁਆਲਿਟੀ ਨਾਲ ਨਹੀਂ ਹੋਵੇਗਾ ਸਮਝੌਤਾ, ਕੁਤਾਹੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਮੇਅਰ ਜੀਤੀ ਸਿੱਧੂ
ਮੇਅਰ ਦੀ ਅਗਵਾਈ ਹੇਠ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਵਿੱਚ 70 ਕਰੋੜ 60 ਲੱਖ ਦੇ ਕੰਮਾਂ ਦੇ ਵਰਕ ਆਰਡਰ ਦਿੱਤੇ, 3 ਕਰੋੜ 62 ਲੱਖ ਦੇ ਨਵੇਂ ਵਿਕਾਸ ਕੰਮਾਂ ਦੇ ਐਸਟੀਮੇਟ ਵੀ ਕੀਤੇ ਪਾਸ
ਐਸ ਏ ਐਸ ਨਗਰ, 16 ਜਨਵਰੀ (ਸ.ਬ.) ਮੁਹਾਲੀ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ 70 ਕਰੋੜ 60 ਲੱਖ ਰੁਪਏ ਦੇ ਪਹਿਲਾਂ ਪਾਸ ਕੀਤੇ ਕੰਮਾਂ ਦੇ ਵਰਕ ਆਰਡਰ ਦਿੱਤੇ ਗਏ ਜਦੋਂ ਕਿ 3 ਕਰੋੜ 62 ਲੱਖ ਰੁਪਏ ਦੇ ਨਵੇਂ ਐਸਟੀਮੇਟ ਪਾਸ ਕੀਤੇ ਗਏ ਹਨ। ਮੀਟਿੰਗ ਵਿੱਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਨਿਗਮ ਕਮਿਸ਼ਨਰ ਟੀ ਬੈਨਿਥ, ਕੌਂਸਲਰ ਮੈਂਬਰ ਜਸਬੀਰ ਸਿੰਘ ਮਣਕੂ ਅਤੇ ਅਨੁਰਾਧਾ ਅਨੰਦ ਅਤੇ ਹੋਰ ਅਧਿਕਾਰੀ ਸ਼ਾਮਿਲ ਹੋਏ।
ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਦੱਸਿਆ ਕਿ ਮੀਟਿੰਗ ਵਿੱਚ ਮੰਜੂਰ ਕੀਤੇ ਗਏ ਕੰਮਾਂ ਵਿੱਚ ਸੈਕਟਰ 74, 90-91 ਵਿਖੇ ਨਵੇਂ ਟਰੈਫਿਕ ਸਿਗਨਲ ਲਗਾਉਣ, ਸੈਕਟਰ 69 ਅਤੇ 70 ਦੇ ਕਮਿਊਨਿਟੀ ਸੈਂਟਰ ਦੀ ਰੈਨੋਵੇਸ਼ਨ ਕਰਨ, ਮੁਹਾਲੀ ਦੇ ਸ਼ਮਸ਼ਾਨ ਘਾਟ ਵਾਸਤੇ ਇੱਕ ਹੋਰ ਫਿਊਨਰਲ ਵੈਨ ਖਰੀਦਣ, ਨਗਰ ਨਿਗਮ ਵੱਲੋਂ ਚਲਾਈਆਂ ਜਾ ਰਹੀਆਂ ਲਾਈਬ੍ਰੇਰੀਆਂ ਸਮਾਜ ਭਲਾਈ ਸੰਸਥਾਵਾਂ ਦੇ ਹਵਾਲੇ ਕਰਨ, ਬਾਬਾ ਵਾਈਟ ਹਾਊਸ ਤੋਂ ਜਗਤਪੁਰਾ ਐਂਟਰੀ ਤੱਕ ਗ੍ਰੀਨ ਬੈਲਟਾਂ ਦੀ ਸਾਂਭ ਸੰਭਾਲ, ਸਿਲਵੀ ਪਾਰਕ ਵਿੱਚ ਯੋਗਾ ਸ਼ੈਡ ਬਣਾਉਣ, ਮੁਹਾਲੀ ਦੇ ਫੇਜ਼ ਅੱਠ ਬੀ ਵਿਚਲੇ ਡੰਪਿੰਗ ਪੁਆਇੰਟ ਵਿਖੇ ਸੋਲਿਡ ਵੇਸਟ ਮੈਨੇਜਮੈਂਟ ਦੇ ਕੰਮ, ਮਿਨੀ ਮਾਰਕੀਟ ਫੇਜ਼ 10 ਵਿੱਚ ਸ਼ੈਡ ਦੀ ਉਸਾਰੀ, ਜਗਤਪੁਰਾ ਡੰਪਿੰਗ ਪੁਆਇੰਟ ਵਿਖੇ ਸ਼ੈਡ ਦੀ ਉਸਾਰੀ ਵਰਗੇ ਪ੍ਰਮੁੱਖ ਕੰਮ ਸ਼ਾਮਿਲ ਹਨ।
ਮੇਅਰ ਵਲੋਂ ਸੈਨੀਟੇਸ਼ਨ ਬ੍ਰਾਂਚ ਦੇ ਅਧਿਕਾਰੀਆਂ ਨਾਲ ਮੀਟਿੰਗ
ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਉਪਰੰਤ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸੈਨੀਟੇਸ਼ਨ ਵਿਭਾਗ ਨਾਲ ਮੀਟਿੰਗ ਕੀਤੀ ਅਤੇ ਵਿਸ਼ੇਸ਼ ਤੌਰ ਤੇ ਮਕੈਨਿਕਲ ਸਵੀਪਿੰਗ ਕਰਨ ਵਾਲੇ ਠੇਕੇਦਾਰ ਨੂੰ ਮੀਟਿੰਗ ਵਿੱਚ ਸੱਦ ਕੇ ਹਦਾਇਤਾਂ ਦਿੱਤੀਆਂ। ਮੇਅਰ ਨੇ ਠੇਕੇਦਾਰ ਕੰਪਨੀ ਨੂੰ ਕਿਹਾ ਕਿ ਮੁੱਖ ਸੜਕਾਂ ਉੱਤੇ ਵਾਲ ਟੂ ਵਾਲ ਮਕੈਨਿਕਲ ਸਫਾਈ ਕਰਵਾਈ ਜਾਵੇ ਅਤੇ ਫੇਜ਼ 8 ਬੀ ਇੰਡਸਟਰੀ ਏਰੀਆ ਦੇ ਖੇਤਰ ਵਿੱਚ ਵੀ ਸਫਾਈ ਦਾ ਕੰਮ ਕੀਤਾ ਜਾਵੇ ਜੋ ਕਿ ਨਹੀਂ ਹੋ ਰਿਹਾ। ਠੇਕੇਦਾਰ ਕੰਪਨੀ ਦੇ ਨੁਮਾਇੰਦੇ ਵੱਲੋਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਭਰੋਸਾ ਵਿਸ਼ਵਾਸ਼ ਦਵਾਇਆ ਗਿਆ ਕਿ ਕੰਮ ਫੌਰੀ ਤੌਰ ਤੇ ਆਰੰਭ ਕਰਵਾ ਦਿੱਤੇ ਜਾਣਗੇ।
ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਖੁਦ ਕੰਮਾਂ ਦੀ ਨਜ਼ਰਸ਼ਾਨੀ ਕਰਨ ਅਤੇ ਕੰਮਾਂ ਦੀ ਕੁਆਲਿਟੀ ਵਿੱਚ ਕਿਸੇ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
Punjab
17 ਜਨਵਰੀ ਨੂੰ ਰਿਲੀਜ਼ ਹੋ ਰਹੀ ਫਿਲਮ ‘ਐਮਰਜੈਂਸੀ’ ਨੂੰ ਪੰਜਾਬ ਵਿੱਚ ਰਿਲੀਜ਼ ਕੀਤੇ ਜਾਣ ਦੇ ਵਿਰੋਧ ਵਿੱਚ ਐੱਸ ਜੀ ਪੀ ਸੀ ਪ੍ਰਧਾਨ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
ਫ਼ਿਲਮ ਪ੍ਰਤੀ ਸਿੱਖਾਂ ਵਿੱਚ ਪਾਏ ਜਾ ਰਹੇ ‘ਰੋਸ ਤੇ ਰੋਹ’ ਦਿੱਤਾ ਹਵਾਲਾ
ਅੰਮ੍ਰਿਤਸਰ, 16 ਜਨਵਰੀ (ਸ.ਬ.) ਭਾਜਪਾ ਦੀ ਸੰਸਦ ਮੈਂਬਰ ਅਤੇ ਫਿਲਮ ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਨੂੰ ਪੰਜਾਬ ਵਿੱਚ ਰਿਲੀਜ਼ ਕੀਤੇ ਜਾਣ ਦੇ ਵਿਰੋਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਸਬੰਧ ਵਿੱਚ ਇੱਕ ਪੱਤਰ ਭੇਜ ਕੇ ਇਸ ਫਿਲਮ ਤੇ ਸੂਬੇ ਵਿੱਚ ਰੋਕ ਲਗਾਉਣ ਦੀ ਮੰਗ ਕੀਤੀ ਹੈ। ਪੱਤਰ ਵਿੱਚ ਉਹਨਾਂ ਕਿਹਾ ਹੈ ਕਿ ਇਹ ਫਿਲਮ ਸਿੱਖਾਂ ਨੂੰ ਬਦਨਾਮ ਕਰਨ ਦੇ ਮੰਤਵ ਨਾਲ ਨੀਤੀਗਤ ਢੰਗ ਨਾਲ ਬਣਾਈ ਗਈ ਹੈ। ਉਨ੍ਹਾਂ ਸਾਫ਼ ਕਿਹਾ ਕਿ ਜੇ ਫਿਲਮ ਪੰਜਾਬ ਵਿਚ ਜਾਰੀ ਹੁੰਦੀ ਹੈ ਤਾਂ ਸ਼੍ਰੋਮਣੀ ਕਮੇਟੀ ਇਸ ਦਾ ਕਰੜਾ ਵਿਰੋਧ ਕਰੇਗੀ। ਇਹ ਫਿਲਮ ਭਲਕੇ 17 ਜਨਵਰੀ ਨੂੰ ਰਿਲੀਜ਼ ਹੋ ਰਹੀ ਹੈ।
ਮੁੱਖ ਮੰਤਰੀ ਨੂੰ ਇਸ ਸਬੰਧੀ ਭੇਜੇ ਪੱਤਰ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਲਿਖਿਆ ਹੈ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਕੰਗਨਾ ਰਣੌਤ ਵੱਲੋਂ ਬਣਾਈ ਗਈ ਫ਼ਿਲਮ ‘ਐਮਰਜੈਂਸੀ’ ਭਲਕੇ 17 ਜਨਵਰੀ ਨੂੰ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦੇ ਸਿਨੇਮਾ ਘਰਾਂ ਵਿੱਚ ਲੱਗਣ ਜਾ ਰਹੀ ਹੈ ਅਤੇ ਇਸ ਸਬੰਧੀ ਟਿਕਟਾਂ ਵੀ ਬੁੱਕ ਹੋਣੀਆਂ ਸ਼ੁਰੂ ਹੋ ਗਈਆਂ ਹਨ।
ਪੱਤਰ ਵਿੱਚ ਕਿਹਾ ਗਿਆ ਹੈ ਕਿ ਇਸ ਫਿਲਮ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਰੋਸ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਸਕੱਤਰ ਨੂੰ 14 ਨਵੰਬਰ 2024 ਨੂੰ ਇਤਰਾਜ਼ ਦਰਜ ਕਰਵਾਇਆ ਗਿਆ ਸੀ। ਇਸ ਸਬੰਧ ਵਿੱਚ ਅੰਤਰਿੰਗ ਕਮੇਟੀ ਵੱਲੋਂ ਪਾਸ ਕੀਤਾ ਗਿਆ ਮਤਾ ਵੀ ਭੇਜਿਆ ਗਿਆ ਸੀ। ਇਸ ਮਤੇ ਵਿਚ ਦੋਸ਼ ਲਾਇਆ ਗਿਆ ਹੈ ਕਿ ਇਹ ਫਿਲਮ ਸਿੱਖਾਂ ਨੂੰ ਬਦਨਾਮ ਕਰਨ ਦੇ ਮੰਤਵ ਨਾਲ ਨੀਤੀਗਤ ਢੰਗ ਨਾਲ ਬਣਾਈ ਗਈ ਹੈ। ਇਸ ਲਈ ਇਸ ਫਿਲਮ ਨੂੰ ਪੰਜਾਬ ਵਿੱਚ ਨਹੀਂ ਚੱਲਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਤੇ ਰਾਹੀਂ ਇਸ ਫਿਲਮ ਤੇ ਰੋਕ ਲਾਉਣ ਦੀ ਮੰਗ ਕੀਤੀ ਗਈ ਸੀ।
ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਪੰਜਾਬ ਦੀ ਆਪ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਹੁਣ ਤੱਕ ਕੋਈ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਜੇ 17 ਜਨਵਰੀ ਨੂੰ ਇਹ ਫਿਲਮ ਰਿਲੀਜ਼ ਹੁੰਦੀ ਹੈ, ਤਾਂ ਇਸ ਨਾਲ ਸਿੱਖ ਜਗਤ ਅੰਦਰ ਰੋਸ ਤੇ ਰੋਹ ਪੈਦਾ ਹੋਵੇਗਾ। ਉਨ੍ਹਾਂ ਲਿਖਿਆ ਹੈ ਕਿ ਇਸ ਫਿਲਮ ਵਿੱਚ ਸਾਕਾ ਨੀਲਾ ਤਾਰਾ ਸਮੇਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਤੇ ਕੀਤੇ ਗਏ ਫੌਜੀ ਹਮਲੇ ਦੇ ਨਾਲ ਨਾਲ ਸਿੱਖ ਕਤਲੇਆਮ ਅਤੇ ਨਸਲਕੁਸ਼ੀ ਦੇ ਮਾਮਲੇ ਵਿੱਚ ਵੀ ਸਿੱਖਾਂ ਖਿਲਾਫ ਜ਼ਹਿਰ ਉਗਲਣ ਦੀ ਭਾਵਨਾ ਨਾਲ ਕੰਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫਿਲਮ ਵਿੱਚ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੀ ਵੀ ‘ਕਿਰਦਾਰਕੁਸ਼ੀ’ ਕੀਤੀ ਗਈ ਹੈ।
ਉਨ੍ਹਾਂ ਮੁੱਖ ਮੰਤਰੀ ਕੋਲੋਂ ਮੰਗ ਕੀਤੀ ਹੈ ਕਿ ਇਸ ਫਿਲਮ ਨੂੰ ਪੰਜਾਬ ਵਿੱਚ 17 ਜਨਵਰੀ ਨੂੰ ਜਾਰੀ ਹੋਣ ਤੋਂ ਤੁਰੰਤ ਰੋਕਿਆ ਜਾਵੇ। ਜੇ ਫਿਲਮ ਪੰਜਾਬ ਵਿੱਚ ਰਿਲੀਜ਼ ਹੁੰਦੀ ਹੈ ਤਾਂ ਇਸ ਦਾ ਸੂਬਾ ਪੱਧਰ ਉੱਤੇ ਸਖ਼ਤ ਵਿਰੋਧ ਕਰਨ ਲਈ ਮਜਬੂਰ ਹੋਣਗੇ। ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਪੱਤਰ ਮੁੱਖ ਮੰਤਰੀ ਦਫਤਰ ਤੋਂ ਇਲਾਵਾ ਪੰਜਾਬ ਦੇ ਮੁੱਖ ਸਕੱਤਰ, ਡੀਜੀਪੀ ਤੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਤੇ ਹੋਰਨਾਂ ਨੂੰ ਵੀ ਭੇਜੇ ਗਏ ਹਨ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਇੱਕ ਪੱਤਰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਵੀ ਸੌਂਪਿਆ ਗਿਆ ਹੈ।
Mohali
ਵਿਜੀਲੈਂਸ ਵਲੋਂ 50 ਹਜ਼ਾਰ ਰੁਪਏ ਰਿਸ਼ਵਤ ਸਮੇਤ ਗ੍ਰਿਫਤਾਰ ਮੁਲਜਮ 2 ਦਿਨ ਦੇ ਰਿਮਾਂਡ ਤੇ
ਈ.ਓ ਵਿੰਗ ਮੁਹਾਲੀ ਦਾ ਮੁਣਸ਼ੀ ਅਮ੍ਰਿਤਪਾਲ ਸਿੰਘ ਹਾਲੇ ਵੀ ਫਰਾਰ
ਐਸ.ਏ.ਐਸ.ਨਗਰ, 16 ਜਨਵਰੀ (ਜਸਬੀਰ ਸਿੰਘ ਜੱਸੀ) ਵਿਜੀਲੈਂਸ ਵਲੋਂ 50 ਹਜਾਰ ਰੁਪਏ ਦੀ ਰਿਸ਼ਵਤ ਸਮੇਤ ਗ੍ਰਿਫਤਾਰ ਕੀਤੇ ਗਏ ਪ੍ਰਾਈਵੇਟ ਵਿਅਕਤੀ ਗੁਰਪ੍ਰੀਤ ਸਿੰਘ ਨੂੰ ਅੱਜ ਮੁਹਾਲੀ ਦੀ ਇਕ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਅਦਾਲਤ ਵਲੋਂ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮੁਲਜਮ ਗੁਰਪ੍ਰੀਤ ਸਿੰਘ ਨੂੰ 2 ਦਿਨ ਦੇ ਪੁਲੀਸ ਰਿਮਾਂਡ ਤੇ ਭੇਜ ਦਿੱਤਾ। ਇਸ ਮਾਮਲੇ ਵਿੱਚ ਨਾਮਜ਼ਦ ਈ.ਓ ਵਿੰਗ ਮੁਹਾਲੀ ਵਿੱਚ ਤੈਨਾਤ ਹੌਲਦਾਰ ਅਮ੍ਰਿਤਪਾਲ ਸਿੰਘ ਜੋ ਕਿ ਇਸ ਵਿੰਗ ਦਾ ਮੁਣਸ਼ੀ ਵੀ ਹੈ, ਹਾਲੇ ਵੀ ਵਿਜੀਲੈਂਸ ਦੀ ਗ੍ਰਿਫਤ ਤੋਂ ਬਾਹਰ ਹੈ।
ਵਿਜੀਲੈਂਸ ਸੂਤਰਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਰਿਸ਼ਵਤ ਦੇ ਪੈਸਿਆਂ ਦੀ ਮੰਗ ਮੁਣਸ਼ੀ ਅਮ੍ਰਿਤਪਾਲ ਸਿੰਘ ਵਲੋਂ ਕੀਤੀ ਗਈ ਸੀ। ਵਿਜੀਲੈਂਸ ਮੁਤਾਬਕ ਸ਼ਿਕਾਇਤਕਰਤਾ ਅਸ਼ੋਕ ਕੁਮਾਰ ਵਾਸੀ ਸੈਕਟਰ 31 ਚੰਡੀਮੰਦਰ ਜਿਲਾ ਪੰਚਕੂਲਾ ਨੇ ਦਿੱਤੀ ਸ਼ਿਕਾਇਤ ਵਿੱਚ ਕਿਹਾ ਸੀ ਕਿ ਉਹ ਨਗਰ ਨਿਗਮ ਚੰਡੀਗੜ੍ਹ ਵਿਖੇ ਬਤੌਰ ਡਰਾਫਟਸਮੈਨ ਨੌਕਰੀ ਕਰ ਰਿਹਾ ਹੈ। ਉਸ ਦੀ ਭੈਣ ਗੀਤਾ ਸੱਗਰ ਪਿੰਡ ਦਿੱਗਲ ਤਹਿਸੀਲ ਨਾਲਾਗੜ੍ਹ ਵਲੋਂ ਉਸ ਸਮੇਤ ਹੋਰਾਂ ਵਿਰੁਧ ਮਕਾਨ ਨੰਬਰ 12,13,14 ਸੈਣੀ ਵਿਹਾਰ ਫੇਜ਼ 3 ਬਲਟਾਣਾ ਜਿਲਾ ਮੁਹਾਲੀ ਨੂੰ ਹੜੱਪਣ ਦੇ ਦੋਸ਼ਾਂ ਤਹਿਤ ਐਸ.ਐਸ.ਪੀ ਮੁਹਾਲੀ ਨੂੰ ਸ਼ਿਕਾਇਤ ਦਿੱਤੀ ਸੀ। ਇਸ ਸ਼ਿਕਾਇਤ ਸਬੰਧੀ ਈ.ਓ ਵਿੰਗ ਮੁਹਾਲੀ ਤੋਂ ਉਸ ਨੂੰ ਲਿਖਤੀ ਰੂਪ ਵਿੱਚ ਬੁਲਾਇਆ ਗਿਆ ਸੀ। ਉਹ ਕਿਸੇ ਕਾਰਨ ਈ.ਓ ਵਿੰਗ ਦੇ ਦਫਤਰ ਨਹੀਂ ਆ ਸਕਿਆ ਅਤੇ ਉਸ ਨੂੰ ਮੁੜ ਹੌਲਦਾਰ ਅਮ੍ਰਿਤਪਾਲ ਸਿੰਘ ਵਲੋਂ ਫੋਨ ਕਰਕੇ ਈ.ਓ ਵਿੰਗ ਬੁਲਾਇਆ ਗਿਆ। ਉਹ ਆਪਣੇ ਵਕੀਲ ਈ.ਓ ਵਿੰਗ ਮੁਹਾਲੀ ਪਹੁੰਚਿਆ ਤਾਂ ਉਸ ਨੂੰ ਹੌਲਦਾਰ ਅਮ੍ਰਿਤਪਾਲ ਸਿੰਘ ਮਿਲਿਆ, ਜਿਸ ਨੇ ਉਸ ਵਿਰੁਧ ਚੱਲ ਰਹੀ ਸ਼ਿਕਾਇਤ ਦਾ ਬਿਆਨ ਆਪਣੇ ਆਪਰੇਟਰ ਤੋਂ ਲਿਖਵਾਇਆ ਅਤੇ ਕਿਹਾ ਕਿ ਉਸ ਦਾ ਬਿਆਨ ਵਧੀਆ ਲਿਖ ਦਿੱਤਾ ਹੈ ਅਤੇ ਉਹ ਹੁਣ ਉਸ ਬਾਰੇ ਵੀ ਕੁਝ ਸੋਚੇ।
ਸ਼ਿਕਾਇਤਕਰਤਾ ਮੁਤਾਬਕ ਅਮ੍ਰਿਤਪਾਲ ਸਿੰਘ ਨੇ ਉਸ ਕੋਲੋਂ 50 ਹਜਾਰ ਰੁਪਏ ਦੀ ਰਿਸ਼ਵਤ ਮੰਗੀ ਅਤੇ ਕਿਹਾ ਕਿ ਜੇਕਰ ਰਿਸ਼ਵਤ ਨਾ ਦਿੱਤੀ ਗਈ ਤਾਂ ਉਸ ਖਿਲਾਫ ਕਾਰਵਾਈ ਹੋ ਸਕਦੀ ਹੈ। ਸ਼ਿਕਾਇਤਕਰਤਾ ਨੇ ਸਾਰੀ ਗੱਲ ਫੋਨ ਵਿੱਚ ਰਿਕਾਰਡ ਕਰ ਲਈ ਅਤੇ ਵਿਜੀਲੈਂਸ ਨੂੰ ਇਸ ਦੀ ਜਾਣਕਾਰੀ ਦਿੱਤੀ। ਵਿਜੀਲੈਂਸ ਨੇ ਟ੍ਰੈਪ ਲਗਾ ਕੇ ਗੁਰਪ੍ਰੀਤ ਸਿੰਘ ਨਾਂ ਦੇ ਵਿਅਕਤੀ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਸਮੇਤ ਕਾਬੂ ਕਰ ਲਿਆ, ਜਦੋਂ ਕਿ ਹੌਲਦਾਰ ਅਮ੍ਰਿਤਪਾਲ ਸਿੰਘ ਮੌਕੇ ਤੋਂ ਖਿਸਕ ਗਿਆ।
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali2 months ago
ਮੁਹਾਲੀ ਪੁਲੀਸ ਵੱਲੋਂ 150 ਗ੍ਰਾਮ ਹੈਰੋਇਨ ਸਮੇਤ 1 ਸਮਗਲਰ ਕਾਬੂ
-
Mohali2 months ago
ਸ਼ਹਿਰ ਨੂੰ ਸਫਾਈ ਪੱਖੋਂ ਬਿਹਤਰ ਬਣਾਉਣ ਲਈ ਨਿਵਾਸੀਆਂ ਦਾ ਸਹਿਯੋਗ ਜਰੂਰੀ : ਟੀ ਬੈਨਿਥ
-
National1 month ago
ਦੋ ਕਾਰਾਂ ਦੀ ਟੱਕਰ ਦੌਰਾਨ 5 ਵਿਦਿਆਰਥੀਆਂ ਸਮੇਤ 7 ਵਿਅਕਤੀਆਂ ਦੀ ਮੌਤ
-
Mohali2 months ago
ਇਪਟਾ, ਪੰਜਾਬ ਵੱਲੋਂ ਦਸਤਾਵੇਜ਼ੀ ਫਿਲਮ ‘ਪੋੜੀ’ ਦਾ ਪ੍ਰਦਰਸ਼ਨ
-
National2 months ago
ਬ੍ਰੇਕਾਂ ਫੇਲ੍ਹ ਹੋਣ ਕਾਰਨ ਐਚ ਆਰ ਟੀ ਸੀ ਬੱਸ ਘਰ ਨਾਲ ਟਕਰਾਈ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
National2 months ago
ਚੱਕਰਵਾਤੀ ਫੇਂਗਲ ਚੇਨਈ ਦੇ ਨੇੜੇ ਲੈਂਡਫਾਲ ਕਰਨ ਲਈ ਤਿਆਰ, ਅਲਰਟ ਜਾਰੀ