ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਰੰਗੇ ਹੱਥੀਂ ਕਾਬੂ

ਚੰਡੀਗੜ, 24 ਨਵੰਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਕਲ ਠੱਠੀ ਸੋਹਲ, ਤਰਨਤਾਰਨ ਜ਼ਿਲ੍ਹੇ ਵਿੱਚ ਤਾਇਨਾਤ ਮਾਲ ਕਾਨੂੰਗੋ ਓਮ ਪ੍ਰਕਾਸ਼ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਗੋ ਨੂੰ ਭਲਵਿੰਦਰ ਸਿੰਘ ਵਾਸੀ ਪਿੰਡ ਝਬਾਲ, ਜ਼ਿਲ੍ਹਾ ਤਰਨਤਾਰਨ ਦੀ ਸ਼ਿਕਾਇਤ ਤੇ ਗ੍ਰਿਫਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਸੀ ਕਿ ਉਕਤ ਮਾਲ ਅਧਿਕਾਰੀ ਉਸ ਦੇ ਰਿਸ਼ਤੇਦਾਰ ਦੀ ਹੱਦਬੰਦੀ ਰਿਪੋਰਟ ਦੇਣ ਬਦਲੇ ਉਸ ਕੋਲੋਂ 25,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ ਅਤੇ ਸੌਦਾ 10,000 ਰੁਪਏ ਵਿਚ ਤੈਅ ਹੋਇਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਵਿਜੀਲੈਂਸ ਦੀ ਇੱਕ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਜਾਰੀ ਹੈ।